Saturday, 20 June 2026

ਕਈ ਕਾਂਗਰਸੀ ਆਗੂਆਂ ਨੂੰ ਪਾਰਟੀ ’ਚ ਕੀਤਾ ਸ਼ਾਮਲ

ਬਰਨਾਲਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਡੇਂਗੂ ਨੂੰ ਮਾਤ ਦੇਣ ਤੋਂ ਬਾਅਦ ਹੁਣ ਬਰਨਾਲਾ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਉਨ੍ਹਾਂ ਖੁਦ ਬਰਨਾਲਾ ਜ਼ਿਮਨੀ ਚੋਣ ਦੀ ਕਮਾਂਡ ਸੰਭਾਲ ਲਈ ਹੈ ਅਤੇ ਉਨ੍ਹਾਂ ਕਈ ਕਾਂਗਰਸੀ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਉਂਦੀ 13 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਬਰਨਾਲਾ ਤੋਂ ਆਮ ਆਦਮੀ ਪਾਰਟੀ ਨੇ ਹਰਿੰਦਰ ਸਿੰਘ ਧਾਲੀਵਾਲ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਜਦਕਿ ਬਾਠ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਵਿਰੋਧ ਕੀਤਾ ਗਿਆ ਸੀ ਅਤੇ ਉਹ ਖੁਦ ਵੀ ਆਮ ਆਦਮੀ ਪਾਰਟੀ ਦੇ ਖਿਲਾਫ਼ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਹਨ। ਜਿਸ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਸੰਸਦ ਮੈਂਬਰ ਮੀਤ ਹੇਅਰ ਕਮਾਨ ਖੁਦ ਸੰਭਾਲ ਲਈ। ਕਿਉਂਕਿ ਬਾਠ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ ਤਕੜੀ ਚੁਣੌਤੀ ਦਿੱਤੀ ਜਾ ਰਹੀ ਹੈ।

ਕੌਮੀ ਰਾਜਧਾਨੀ ਨਵੀਂ ਦਿੱਲੀ ਸਮੇਤ ਦੇਸ਼ ਬਹੁਤੇ ਸ਼ਹਿਰਾਂ ’ਚ ਸਾਹ ਲੈਣਾ ਹੋਇਆ ਔਖਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਦੀਵਾਲੀ ਦੇ ਤਿਉਹਾਰ ਦੌਰਾਨ ਆਤਿਸ਼ਬਾਜ਼ੀ ਅਤੇ ਹੋਰ ਪਟਾਕਿਆਂ ਦੇ ਚੱਲਣ ਕਾਰਨ ਦੇਸ਼ ਭਰ ਵਿਚ ਲਾਈਆਂ ਗਈਆਂ ਪਾਬੰਦੀਆਂ ਧੂੰਆਂ ਬਣ ਕੇ ਉਡ ਜਾਣ ਮਗਰੋਂ ਸ਼ੁੱਕਰਵਾਰ ਦੀ ਸਵੇਰ ਦੇਸ਼ ਦੇ ਬਹੁਤੇ ਸ਼ਹਿਰਾਂ ਵਿਚ ਹਵਾ ਦੀ ਗੁਣਵੱਤਾ ਵਿਚ ਭਾਰੀ ਗਿਰਾਵਟ ਦਰਜ ਕੀਤੀ ਗਈ। ਕੌਮੀ ਰਾਜਧਾਨੀ ਨਵੀਂ ਦਿੱਲੀ ਸਮੇਤ ਦੇਸ਼ ਦੇ ਬਹੁਤੇ ਸ਼ਹਿਰਾਂ ਵਿਚ ਪਟਾਕੇ ਚੱਲਣ ਕਾਰਨ ਹਵਾ ਪ੍ਰਦੂਸ਼ਣ ਇੰਨਾ ਜ਼ਿਆਦਾ ਵਧ ਗਿਆ ਕਿ ਬਹੁਤੇ ਸ਼ਹਿਰਾਂ ਵਿਚ ਲੋਕਾਂ ਨੂੰ ਸਾਹ ਲੈਣਾ ਮੁਸ਼ਕਿਲ ਹੋ ਗਿਆ। ਦੇਸ਼ ਦੇ ਲਗਭਗ ਸਾਰੇ ਸ਼ਹਿਰਾਂ ਵਿਚ ਸਰਕਾਰਾਂ ਵੱਲੋਂ ਪਟਾਕੇ ਚਲਾਉਣ ’ਤੇ ਪਾਬੰਦੀਆਂ ਲਗਾਈਆਂ ਗਈਆਂ ਸਨ ਪ੍ਰੰਤੂ ਲੋਕਾਂ ਨੇ ਪਾਬੰਦੀਆਂ ਦੀ ਪ੍ਰਵਾਹ ਨਾ ਕਰਦੇ ਹੋਏ ਜਮ ਕੇ ਪਟਾਕੇ ਚਲਾਏ ਗਏ, ਜਿਸ ਕਾਰਨ ਦੇਸ਼ ਭਰ ਦੀ ਹਵਾ ਗੰਧਲੀ ਹੋ ਗਈ। ਜਿਕਰਯੋਗ ਹੈ ਕਿ ਕੌਮੀ ਰਾਜਧਾਨੀ ਨਵੀਂ ਦਿੱਲੀ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਇਸ ਵਾਰ ਦੀ ਦੀਵਾਲੀ ਸਭ ਤੋਂ ਵੱਧ ਪ੍ਰਦੂਸ਼ਣ ਵਾਲੀ ਦੀਵਾਲੀ ਵਜੋਂ ਦਰਜ ਕੀਤੀ ਗਈ। ਇਸੇ ਤਰ੍ਹਾਂ ਪੰਜਾਬ ਦੇ ਜ਼ਿਲ੍ਹਾ ਅੰਮਿ੍ਰਤਸਰ ਵਿਚ ਸਭ ਤੋਂ ਵਧ ਹਵਾ ਪ੍ਰਦੂਸ਼ਣ ਦਰਜ ਕੀਤਾ ਗਿਆ। 

ਕਿਹਾ : ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੀ ਸਮੂਹ ਕੈਬਨਿਟ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦੇ ਪਵਿੱਤਰ ਤਿਉਹਾਰ ਮੌਕੇ ਵਧਾਈ ਦਿੱਤੀ ਹੈ।  ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਸੰਦੇਸ਼ ਵਿਚ ਕਿਹਾ ਕਿ ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਅਤੇ ਸਾਨੂੰ ਸਾਰਿਆਂ ਨੂੰ ਰਲ-ਮਿਲ ਕੇ ਇਹ ਤਿਉਹਾਰ ਮਨਾਉਣਾ ਚਾਹੀਦਾ ਹੈ। ਇਸ ਨਾਲ ਸਾਡਾ ਆਪਸੀ ਭਾਈਚਾਰਾ ਅਤੇ ਪਿਆਰ ਵਧਦਾ ਹੈ।  ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਤਰਨਪ੍ਰੀਤ ਸੌਂਦ, ਡਾ. ਰਵਜੋਤ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਮੁਹਿੰਦਰ ਭਗਤ ਵੱਲੋਂ ਵੀ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਪਵਿੱਤਰ ਤਿਉਹਾਰ ਸਭਨਾਂ ਦੇ ਜੀਵਨ ਵਿਚ ਖੁਸ਼ੀਆਂ ਅਤੇ ਖੇੜੇ ਲੈ ਕੇ ਆਵੇ। ਸਮੂਹ ਕੈਬਨਿਟ ਵੱਲੋਂ ਪੰਜਾਬ ਵਾਸੀਆਂ ਨੂੰ ਅਤੇ ਖਾਸ ਕਰਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ। ਉਨ੍ਹਾਂ ਸੂਬਾ ਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ।

ਪੁਲਿਸ ਨੇ ‘ਆਪ’ ਦੇ ਕਈ ਆਗੂਆਂ ਨੂੰ ਲਿਆ ਹਿਰਾਸਤ ’ਚ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਝੋਨੇ ਦੀ ਧੀਮੀ ਲਿਫਟਿੰਗ ਦੇ ਮੁੱਦੇ ’ਤੇ ਸਿਆਸਤ ਗਰਮਾਈ ਹੋਈ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸਦੇ ਚੱਲਦਿਆਂ ਅੱਜ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ‘ਆਪ’ ਆਗੂ ਤੇ ਸਮਰਥਕ ਸੈਕਟਰ-37 ਸਥਿਤ ਭਾਜਪਾ ਦਫਤਰ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ। ‘ਆਪ’ ਆਗੂਆਂ ਅਤੇ ਵਰਕਰਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਵਲੋਂ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ। ਇਸਦੇ ਚੱਲਦਿਆਂ ਚੰਡੀਗੜ੍ਹ ਪੁਲਿਸ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ ਅਤੇ ਤਰੁਨਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਇਸੇ ਦੌਰਾਨ ‘ਆਪ’ ਵਰਕਰਾਂ ਅਤੇ ਪੁਲਿਸ ਵਿਚਾਲੇ ਹੋਈ ਖਿੱਚਧੂਹ ਵਿਚ ਮੰਤਰੀ ਹਰਜੋਤ ਸਿੰਘ ਬੈਂਸ ਜ਼ਖ਼ਮੀ ਵੀ ਹੋ ਗਏ।  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.