Saturday, 20 June 2026

ਕਿਹਾ : ਤੁਹਾਡੇ ਵੱਲੋਂ ਪਾਈ ਗਈ ਵੋਟ ਅਮਰੀਕਾ ਦਾ ਭਵਿੱਖ ਤੈਅ ਕਰੇਗੀ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਹੋਣ ਵਾਲੀ ਚੋਣ ਵਿਚ ਸਿਰਫ ਹੁਣ ਇਕ ਹਫ਼ਤਾ ਬਚਿਆ ਹੈ। ਇਸੇ ਦੌਰਾਨ ਰਾਸ਼ਟਰਪਤੀ ਅਹੁਦੇ ਲਈ ਚੋਣ ਲੜ ਰਹੀ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅਮਰੀਕਾ ਵਾਸੀਆਂ ਨੂੰ ਇਕ ਖਾਸ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਇਕ ਹਫਤਾ ਬਾਅਦ ਤੁਹਾਡੇ ਕੋਲ ਇਕ ਅਜਿਹਾ ਫੈਸਲਾ ਲੈਣ ਦਾ ਮੌਕਾ ਹੋਵੇਗਾ, ਜੋ ਸਿੱਧੇ ਤੌਰ ’ਤੇ ਤੁਹਾਡੇ ਪਰਿਵਾਰ ਅਤੇ ਅਮਰੀਕਾ ਦੇ ਭਵਿੱਖ ਨੂੰ ਪ੍ਰਭਾਵਿਤ ਕਰੇਗਾ। ਉਨ੍ਹਾਂ ਅਮਰੀਕੀ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਤੁਹਾਡੀ ਵੱਲੋਂ ਪਾਈ ਜਾਣ ਵਾਲੀ ਵੋਟ ਹੁਣ ਤੱਕ ਦੀ ਸਭ ਤੋਂ ਮਹੱਤਵਪੂਰਨ ਵੋਟ ਹੋਵੇਗੀ ਜੋ ਅਮਰੀਕਾ ਦਾ ਭਵਿੱਖ ਤੈਅ ਕਰੇਗੀ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਆਉਂਦੀ 5 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਮੁੱਖ ਮੁਕਾਬਲਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਹੈ।

ਏਅਰਪੋਰਟ ਦੇ ਸ਼ੁਰੂ ਹੋਣ ਨਾਲ ਪੰਜਾਬ ਦੇ ਚਾਰ ਜ਼ਿਲ੍ਹਿਆਂ ਨੂੰ ਹੋਵੇਗਾ ਫਾਇਦ

ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਸ਼ਹਿਰ ਤੋਂ ਲਗਭਗ 31 ਕਿਲੋਮੀਟਰ ਦੂਰ ਰਾਏਕੋਟ ਕਸਬੇ ’ਚ ਸਥਿਤ ਹਲਵਾਰਾ ਏਅਰਪੋਰਟ ਨਵੇਂ ਸਾਲ ਤੋਂ ਸ਼ੁਰੂ ਹੋ ਜਾਵੇਗਾ। ਇਸ ਸਬੰਧੀ ਜਾਣਕਾਰੀ ਏਅਰਪੋਰਟ ਨਾਲ ਜੁੜੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦੇ ਅਖੀਰ ਤੱਕ ਏਅਰਪੋਰਟ ਦਾ ਬਾਕੀ ਰਹਿੰਦਾ ਕੰਮ ਮੁਕੰਮਲ ਨਹੀਂ ਹੋ ਸਕੇਗਾ ਜਦਕਿ ਇਸ ਤੋਂ ਪਹਿਲਾਂ ਵੀ ਕੰਮ ਨੂੰ ਖਤਮ ਕਰਨ ਦੀ ਸਮਾਂ ਹੱਦ ਕਈ ਵਾਰ ਸਮਾਪਤ ਹੋ ਚੁੱਕੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਸੰਬਰ ਮਹੀਨੇ ਦੇ ਅੰਤ ਤੱਕ ਏਅਰਪੋਰਟ ਨੂੰ ਆਮ ਜਨਤਾ ਲਈ ਖੋਲ੍ਹਿਆ ਜਾ ਸਕਦਾ ਹੈ ਅਤੇ ਉਮੀਦ ਹੈ ਕਿ ਨਵੇਂ ਸਾਲ ਤੋਂ ਇਥੋਂ ਘਰੇਲੂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਜ਼ਿਕਰਯੋਗ ਹੈ ਕਿ ਹਲਵਾਰਾ ਏਅਰਪੋਰਟ ’ਤੇ 172 ਸੀਟਾਂ ਵਾਲਾ ਜਹਾਜ਼ ਅਸਾਨੀ ਨਾਲ ਉਤਰ ਸਕੇਗਾ। ਹਲਵਾਰਾ ’ਚ ਬਣਿਆ ਇਹ ਏਅਰਪੋਰਟ 161. 28 ਏਕੜ ’ਚ ਫੈਲਿਆ ਹੋਇਆ ਹੈ ਅਤੇ ਇਥੇ ਬਣੇ ਟਰਮੀਨਲ ਦਾ ਏਅਰ 2000 ਵਰਗ ਮੀਟਰ ਹੈ।

 

ਕਿਹਾ : ਸਿੱਖ ਸੰਗਤਾਂ ਕਿਸੇ ਵੀ ਤਰ੍ਹਾਂ ਦੀ ਬਿਜਲਈ ਸਜਾਵਟ ਨਾ ਕਰਨ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੰਦੀਛੋੜ ਦਿਵਸ ਮੌਕੇ ਸੰਗਤਾਂ ਨੂੰ ਕੇਵਲ ਘਿਓ ਦੇ ਦੀਵੇ ਬਾਲਣ ਦੀ ਅਪੀਲ ਕੀਤੀ ਹੈ।  ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮਿ੍ਰਤਸਰ ਸਾਹਿਬ ਵਿਖੇ ਪਹੁੰਚੇ ਸਨ ਅਤੇ ਉਨ੍ਹਾਂ ਦੀ ਆਮਦ ਦੀ ਖੁਸ਼ੀ ਵਿਚ ਬੰਦੀਛੋੜ ਦਿਵਸ ਮਨਾਇਆ ਜਾਂਦਾ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਵਾਰ ਬੰਦੀਛੋੜ ਦਿਵਸ ਮੌਕੇ ਸਿਰਫ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਬਿਜਲਈ ਸਜਾਵਟ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਸ਼ਵ ਭਰ ਵਿਚ ਵਸਦੀਆਂ ਸਿੱਖ ਸੰਗਤਾਂ ਵਲੋਂ ਇਕ ਨਵੰਬਰ ਵਾਲੇ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਵਿੱਤਰ ਯਾਦ ਵਿਚ ਬੰਦੀਛੋੜ ਦਿਵਸ ਮਨਾਉਂਦਿਆਂ ਗੁਰਦੁਆਰਾ ਸਾਹਿਬਾਨ ਅਤੇ ਘਰਾਂ ਵਿਚ ਸਿਰਫ਼ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਅਤੇ ਕਿਸੇ ਤਰ੍ਹਾਂ ਦੀ ਬਿਜਲਈ ਸਜਾਵਟ ਨਾ ਕੀਤੀ ਜਾਵੇ।  

 

ਬਰਨਾਲਾ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਗੁਰਦੀਪ ਬਾਠ

ਬਰਨਾਲਾ/ਬਿਊਰੋ ਨਿਊਜ਼ : ਪੰਜਾਬ ਵਿਚ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਵੱਲੋਂ ਸ਼ੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਹੈ। ਗੁਰਦੀਪ ਸਿੰਘ ਬਾਠ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਿਚ ਆਉਂਦੇ ਸਨ। ਉਨ੍ਹਾਂ ਬਰਨਾਲਾ ਤੋਂ ‘ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਦੇਣ ਦਾ ਵਿਰੋਧ ਕੀਤਾ ਸੀ ਅਤੇ ਬਾਠ ਖੁਦ ਵੀ ਬਰਨਾਲਾ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਹਨ। ‘ਆਪ’ ਵੱਲੋਂ ਸ਼ੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਪੋਸਟ ’ਚ ਲਿਖਿਆ ਕਿ ਬਾਠ ਆਮ ਆਦਮੀ ਪਾਰਟੀ ਖਿਲਾਫ਼ ਬਰਨਾਲਾ ਤੋਂ ਚੋਣ ਲੜ ਰਹੇ ਹਨ ਅਤੇ ਉਹ ਪਾਰਟੀ ਵਿਰੁੱਧ ਬਿਆਨਬਾਜ਼ੀ ਕਰ ਰਹੇ ਹਨ। ਜਿਸ ਦੇ ਚਲਦਿਆਂ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਬਰਖਾਸਤ ਕੀਤਾ ਜਾਂਦਾ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.