Saturday, 20 June 2026

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ 13 ਨਵੰਬਰ ਨੂੰ ਪਾਈਆਂ ਜਾਣਗੀਆਂ ਵੋਟਾਂ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ 4 ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਪੰਜਵਾਂ ਦਿਨ ਹੈ ਅਤੇ ਭਲਕੇ ਸ਼ੁੱਕਰਵਾਰ ਨੂੰ ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ ਹੈ। ਜਿਸ ਦੇ ਚਲਦਿਆਂ ਅੱਜ ਵੀਰਵਾਰ ਨੂੰ ਕਈ ਵੱਡੇ ਆਗੂਆਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਜਿਨ੍ਹਾਂ ਵਿਚ ਹੌਟ ਸੀਟ ਗਿੱਦੜਬਾਹਾ ਤੋਂ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ, ‘ਆਪ’ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਕਾਂਗਰਸੀ ਆਗੂ ਅੰਮਿ੍ਰਤ ਵੜਿੰਗ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਜਦਕਿ ਬਰਨਾਲਾ ਤੋਂ ਭਾਜਪਾ ਆਗੂ ਕੇਵਲ ਢਿੱਲੋੋਂ, ਕਾਂਗਰਸੀ ਆਗੂ ਕੁਲਦੀਪ ਸਿੰਘ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਭਾਜਪਾ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਅਤੇ ਚੱਬੇਵਾਲ ਤੋਂ ‘ਆਪ’ ਊਮੀਦਵਾਰ ਡਾ. ਈਸ਼ਾਂਕ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। 28 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ ਜਦਕਿ 30 ਅਕਤੂਬਰ ਨੂੰ ਨਾਮ ਵਾਪਸ ਲਏ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 4 ਵਿਧਾਨ ਸੀਟਾਂ ਲਈ ਆਉਂਦੀ 13 ਨਵੰਬਰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।

ਸ਼ਿਵਸੈਨਾ ਤੇ ਐਨਸੀਪੀ ਵੱਲੋਂ ਪ੍ਰਚਾਰ ਕਰਨ ਲਈ ‘ਆਪ’ ਨਾਲ ਕੀਤਾ ਗਿਆ ਸੀ ਸੰਪਰਕ

ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਹਾਰਾਸ਼ਟਰ ਅਤੇ ਝਾਰਖੰਡ ’ਚ ‘ਇੰਡੀਆ ਗੱਠਜੋੜ’ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੇਜਰੀਵਾਲ ਉਨ੍ਹਾਂ ਸੀਟਾਂ ’ਤੇ ਹੀ ਪ੍ਰਚਾਰ ਲਈ ਜਾਣਗੇ ਜਿੱਥੇ ਗੱਠਜੋੜ ਦੇ ਉਮੀਦਵਾਰ ’ਤੇ ਕੋਈ ਵਿਵਾਦ ਨਾ ਹੋਵੇ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸ਼ਿਵ ਸੈਨਾ ਉਧਵ ਠਾਕਰੇ ਅਤੇ ਐਨਸੀਪੀ ਨੇ ਅਰਵਿੰਦ ਕੇਜਰੀਵਾਲ ਨੂੰ ਮਹਾਰਾਸ਼ਟਰ ’ਚ ਪ੍ਰਚਾਰ ਕਰਨ ਦੇ ਲਈ ਆਮ ਆਦਮੀ ਪਾਰਟੀ ਕੋਲ ਪਹੁੰਚ ਕੀਤੀ ਸੀ। ਅਰਵਿੰਦ ਕੇਜਰੀਵਾਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕੁੱਝ ਹੋਰ ਆਗੂ ਵੀ ‘ਇੰਡੀਆ ਗੱਠਜੋੜ’ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੇਜਰੀਵਾਲ ਝਾਰਖੰਡ ਵਿਚ ਝਾਰਖਮੰਡ ਮੁਕਤੀ ਮੋਰਚੇ ਦੇ ਉਮੀਦਵਾਰਾਂ ਲਈ ਵੀ ਪ੍ਰਚਾਰ ਕਰ ਸਕਦੇ ਹਨ।

 

 

ਭੂੰਦੜ ਦੀ ਅਗਵਾਈ ’ਚ ਪਾਰਟੀ ਦੇ ਮੌਜੂਦਾ ਸਥਿਤੀ ’ਤੇ ਕੀਤੀ ਜਾਵੇਗੀ ਚਰਚਾ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਨੇ ਭਲਕੇ ਵੀਰਵਾਰ ਨੂੰ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਹੋਵੇਗੀ, ਜਿਸ ਦੀ ਪ੍ਰਧਾਨਗੀ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਭਲਕੇ 24 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ਵਿਚ ਪਾਰਟੀ ਦੀ ਮੌਜੂਦਾ ਸਥਿਤੀ ’ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਵੀ ਦੋ ਦਿਨ ਬਾਕੀ ਬਚੇ ਹਨ। ਅਜਿਹੇ ’ਚ ਪਾਰਟੀ ਕਿਸ ਤਰ੍ਹਾਂ ਚੋਣ ਮੈਦਾਨ ਵਿਚ ਉਤਰੇਗੀ ਇਸ ਸਬੰਧੀ ਮੀਟਿੰਗ ਦੌਰਾਨ ਰਣਨੀਤੀ ਤਿਆਰ ਕੀਤੀ ਜਾਵੇਗੀ। ਜ਼ਿਮਨੀ ਚੋਣਾਂ ਲੜਨ ਸਬੰਧੀ ਫੈਸਲਾ ਸਭ ਦੀ ਰਾਏ ਤੋਂ ਬਾਅਦ ਲਿਆ ਜਾਵੇਗਾ। 

 

ਕਾਂਗਰਸੀ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੀ ਰਹੇ ਮੌਜੂਦ

ਵਾਇਨਾਡ/ਬਿਊਰੋ ਨਿਊਜ਼ : ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ, ਗਾਂਧੀ ਅਤੇ ਰਾਬਰਟ ਵਾਡਰਾ ਵੀ ਮੌਜੂਦ ਸਨ। ਜਦਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਵੱਲੋਂ ਇਕ ਰੋਡ ਸ਼ੋਅ ਵੀ ਕੀਤਾ ਗਿਆ। ਪਿ੍ਰਅੰਕਾ ਗਾਂਧੀ ਪਹਿਲੀ ਵਾਰ ਚੋਣ ਮੈਦਾਨ ਵਿਚ ਉਤਰੇ ਹਨ ਅਤੇ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ਦੇ ਖਿਲਾਫ਼ ਨਾਵਿਆ ਹਰੀਦਾਸ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਜ਼ਿਕਰਯੋਗ ਹੈ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵਾਇਨਾਡ ਅਤੇ ਰਾਏਬਰੇਲੀ ਸੀਟ ਤੋਂ ਜਿੱਤ ਹਾਸਲ ਕੀਤੀ ਸੀ। ਜਿਸ ਤੋਂ ਬਾਅਦ ਗਾਂਧੀ ਪਰਿਵਾਰ ਨੇ ਰਾਏਬਰੇਲੀ ਸੀਟ ਨੂੰ ਚੁਣਿਆ ਸੀ ਅਤੇ ਵਾਇਨਾਡ ਸੀਟ ਨੂੰ ਛੱਡ ਦਿੱਤਾ ਸੀ। ਵਾਇਨਾਡ ਲੋਕ ਸਭਾ ਸੀਟ ਲਈ ਆਉਂਦੀ 13 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਜਦਕਿ ਇਸਦਾ ਨਤੀਜਾ 23 ਨਵੰਬਰ ਨੂੰ ਐਲਾਨਿਆ ਜਾਵੇਗਾ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.