Saturday, 20 June 2026

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ’ਚ ਸਿਆਸੀ ਦਖਲਅੰਦਾਜ਼ੀ ਨੂੰ ਦੱਸਿਆ ਗਲਤ
ਜਲੰਧਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਸੁਧਾਰ ਦੇ ਆਗੂਆਂ ਵੱਲੋਂ ਅੱਜ ਜਲੰਧਰ ’ਚ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਾਪਰੇ ਘਟਨਾਕ੍ਰਮ ਸਬੰਧੀ ਚਰਚਾ ਕੀਤੀ ਗਈ। ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਲਈ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਮੀਟਿੰਗ ਵਿਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ ਸਮੇਤ ਵੱਡੀ ਗਿਣਤੀ ਵਿਚ ਹੋਰ ਅਕਾਲੀ ਆਗੂ ਮੌਜੂਦ ਸਨ। ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼ੋ੍ਰਮਣੀ ਕਮੇਟੀ ਚੋਣਾਂ ਲਈ ਉਮੀਦਵਾਰ ਬਣਾਏ ਜਾਣ ’ਤੇ ਬੀਬੀ ਜਗੀਰ ਕੌਰ ਨੂੰ ਵਧਾਈ ਦਿੱਤੀ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ ਪਰ ਲੰਘੇ ਦਿਨੀਂ ਇਸ ਵਿਚ ਸਿਆਸੀ ਤੌਰ ’ਤੇ ਦਖਲਅੰਦਾਜ਼ੀ ਕੀਤੀ ਗਈ, ਜੋ ਕਿ ਸਰਸਰ ਗਲਤ ਹੈ। ਉਨ੍ਹਾਂ ਕਿਹਾ ਕਿ ਮੈਂ ਸਭ ਨੂੰ ਵਿਸ਼ਵਾਸ ਦਿਵਾਉਂਦੀ ਹਾਂ ਕਿ ਮੇਰੇ ਪ੍ਰਧਾਨ ਬਣਨ ’ਤੇ ਅਜਿਹਾ ਬਿਲਕੁਲ ਵੀ ਨਹੀਂ ਹੋਵੇਗਾ ਅਤੇ ਸ਼ੋ੍ਰਮਣੀ ਕਮੇਟੀ ਵੱਲੋਂ ਸਿਰਫ਼ ਸਿੱਖਾਂ ਦੀ ਗੱਲ ਕੀਤੀ ਜਾਵੇਗੀ।

ਪੁਲਿਸ ਨੇ ਕਿਸਾਨਾਂ ਨੂੰ ਕਿਸਾਨ ਭਵਨ ਕੋਲ ਹੀ ਰੋਕਿਆ, ਕਿਸਾਨਾਂ ਨੇ ਉਥੇ ਧਰਨਾ ਕੀਤਾ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਝੋਨੇ ਦੀ ਸਹੀ ਤਰੀਕੇ ਨਾਲ ਖਰੀਦ ਨਾ ਹੋਣ ਦੇ ਵਿਰੋਧ ਵਿਚ ਕਿਸਾਨਾਂ ਨੇ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਸੀ। ਜਿਸ ਦੇ ਚਲਦਿਆਂ ਵੱਡੀ ਗਿਣਤੀ ਵਿਚ ਕਿਸਾਨ 35 ਸੈਕਟਰ ਸਥਿਤ ਕਿਸਾਨ ਭਵਨ ਵਿਖੇ ਪਹੁੰਚ ਗਏ ਸਨ। ਇਸੇ ਦੌਰਾਨ ਪੁਲਿਸ ਨੇ ਕਿਸਾਨ ਭਵਨ ਦਾ ਗੇਟ ਬੰਦ ਕਰ ਦਿੱਤਾ ਅਤੇ ਉਥੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਅਤੇ ਕੁੱਝ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਅੱਗੇ ਜਾਣ ਦੀ ਕੋਸ਼ਿਸ਼ ਵੀ ਕੀਤੀ। ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਅਤੇ ਕਿਸਾਨਾਂ ਨੇ ਉਥੇ ਹੀ ਪੱਕਾ ਧਰਨਾ ਸ਼ੁਰੂ ਕਰ ਦਿੱਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਚੰਡੀਗੜ੍ਹ ’ਚ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਕਿਸਾਨ ਆਗੂਆਂ ਨੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਤੰਗ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ’ਚ ਚੰਡੀਗੜ੍ਹ  ’ਚ ਦੁੱਧ, ਸਬਜ਼ੀਆਂ ਅਤੇ ਫਲਾਂ ਦੀ ਸਪਲਾਈ ਰੋਕ ਦਿੱਤੀ ਜਾਵੇਗੀ। ਉਧਰ ਪੁਲਿਸ ਅਤੇ ਪ੍ਰਸ਼ਾਸਨ ਨੇ ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਕਰਵਾਉਣ ਦੇ ਯਤਨ ਵੀ ਸ਼ੁਰੂ ਕਰ ਦਿੱਤੇ ਹਨ।

ਕਿਹਾ : ਸਾਡਾ ਮਕਸਦ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣਾ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਟ੍ਰੇਨਿੰਗ ਲਈ ਨਵੀਂ ਦਿੱਲੀ ਤੋਂ ਫਿਨਲੈਂਡ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਹ ਸਾਰੇ ਅਧਿਆਪਕ ਤਿੰਨ ਹਫਤੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਤੋਂ ਟ੍ਰੇਨਿੰਗ ਲੈਣਗੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ 72 ਅਧਿਆਪਕ ਟ੍ਰੇਨਿੰਗ ਲਈ ਫਿਨਲੈਂਡ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ ਸਰਕਾਰੀ ਸਕੂਲਾਂ ਨੂੰ ਇੰਨੇ ਸ਼ਾਨਦਾਰ ਬਣਾਵਾਂਗੇ ਕਿ ਮਾਪਿਆਂ ਦੀ ਮਰਜੀ ਹੋਵੇ ਕਿ ਉਹ ਆਪਣੇ ਬੱਚਿਆਂ ਨੂੰ ਭਾਵੇਂ ਨਿੱਜੀ ਸਕੂਲਾਂ ਵਿਚ ਪੜ੍ਹਾਉਣ ਜਾਂ ਸਰਕਾਰੀ ਸਕੂਲਾਂ ਵਿਚ। ਉਨ੍ਹਾਂ ਕਿਹਾ ਕਿ ਫਰਕ ਸਿਰਫ਼ ਇੰਨਾ ਹੋਵੇਗਾ ਕਿ ਨਿੱਜੀ ਸਕੂਲਾਂ ਵਿਚ ਪੜ੍ਹਨ ਲਈ ਪੈਸੇ ਦੇਣੇ ਪੈਣਗੇ ਜਦਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਹੈ ਅਤੇ ਅਸੀਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾ ਕੇ ਰਹਾਂਗੇ।

  

ਕਿਹਾ : ਬਾਲ ਵਿਆਹ ਨੂੰ ਰੋਕਣ ਲਈ ਜਾਗਰੂਕਤਾ ਦੀ ਲੋੜ

ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਨਸੋਗ ਸੁਪਰੀਮ ਕੋਰਟ ਨੇ ਅੱਜ ਬਾਲ ਵਿਆਹ ਨੂੰ ਲੈ ਕੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ.ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਬਾਲ ਵਿਆਹ ਰੋਕਣ ਲਈ ਜਾਗਰੂਕਤਾ ਦੀ ਲੋੜ ਹੈ। ਬਾਲ ਵਿਆਹ ਕਰਨ ਵਾਲਿਆਂ ਨੂੰ ਸਜ਼ਾ ਦੇਣ ਨਾਲ ਕੁੱਝ ਵੀ ਹੋਣ ਵਾਲਾ ਨਹੀਂ। ਸੀਜੇਆਈ ਨੇ ਕਿਹਾ ਕਿ ਅਸੀਂ ਬਾਲ ਵਿਆਹ ਰੋਕੂ ਕਾਨੂੰਨ ਪੜ੍ਹਿਆ ਅਤੇ ਸਮਝਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਅੰਦਰ ਬਿਨਾਂ ਕਿਸੇ ਨੁਕਸਾਨ ਦੇ ਸਜ਼ਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ ਜੋ ਬੇਅਸਰ ਸਾਬਤ ਹੋਇਆ ਹੈ। ਭਾਰਤ ਵਿਚ ਹੁੰਦੇ ਬਾਲ ਵਿਆਹਾਂ ਨੂੰ ਰੋਕਣ ਲਈ ਵੱਡੇ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਉਣ ਦੀ ਜ਼ਰੂਰਤ ਹੈ। ਇਸ ਮਾਮਲੇ ’ਤੇ ਲੰਘੀ 10 ਮਈ ਨੂੰ ਹੋਈ ਸੁਣਵਾਈ ਤੋਂ ਬਾਅਦ ਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ।  ਇਸ ਸਬੰਧੀ ਪਟੀਸ਼ਨ ਸੁਸਾਇਟੀ ਫਾਰ ਐਨਲਾਈਨਮੈਂਟ ਐਂਡ ਵਾਲੰਟਰੀ ਐਕਸ਼ਨ ਵੱਲੋਂ 2017 ’ਚ ਦਾਖਲ ਕੀਤੀ ਗਈ ਸੀ। ਪਟੀਸ਼ਨ ਦਾਖਲ ਕਰਨ ਵਾਲੀ ਸੰਸਥਾ ਦਾ ਆਰੋਪ ਸੀ ਕਿ ਬਾਲ ਵਿਆਹ ਰੋਕਣ ਵਾਲੇ ਕਾਨੂੰਨ ਸਹੀ ਤਰੀਕੇ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ।

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.