Monday, 22 June 2026

11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ ਕਈ ਅਹਿਮ ਫੈਸ਼ਲੇ ਲਏ ਗਏ। ਜਿਸ ਸਬੰਧੀ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੰਤਰੀ ਮੰਡਲ ’ਚ ਨਵੇਂ ਸ਼ਾਮਲ ਹੋਏ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਕੈਬਨਿਟ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ ਛੋਟੇ ਤਬਕੇ ਦੇ ਮਜ਼ਦੂਰਾਂ ਨੂੰ ਤੋਹਫ਼ਾ ਦਿੰਦੇ ਹੋਏ ਉਨ੍ਹਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਐਲਾਨ ਕੀਤਾ ਹੈ, ਜੋ ਜ਼ਿਮੀਦਾਰਾਂ ਕੋਲ ਬਹੁਤ ਛੋਟੇ ਪੱਧਰ ’ਤੇ ਮਜ਼ਦੂਰ ਹਨ। ਅਰੋੜਾ ਨੇ ਕਿਹਾ 11231 ਲਾਭਪਾਤਰੀਆਂ ਨੂੰ ਉਨ੍ਹਾਂ ਜ਼ਮੀਨਾਂ ਦਾ ਮਾਲਕ ਬਣਾਉਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ 4196 ਏਕੜ ਅਜਿਹੀ ਜ਼ਮੀਨ ਹੈ ਜਿਸ ਦਾ ਕੋਈ ਵਾਲੀ ਵਾਰਸ ਨਹੀਂ ਹੈ। ਇਸ ਤੋਂ ਇਲਾਵਾ ਇਨਵਾਇਰਮੈਂਟਲ ਕਲੀਅਰੈਂਸ ਦੀਆਂ ਫੀਸਾਂ ’ਚ ਕਟੌਤੀ ਕਰਨ ਦਾ ਐਲਾਨ ਵੀ ਕੀਤਾ ਗਿਆ। ਜਦਕਿ ਸ਼ੈਲਰ ਮਾਲਕਾਂ ਨਾਲ ਕੀਤੇ ਵਾਅਦੇ ਮੁਤਾਬਕ ਪੰਜਾਬ ਸਰਕਾਰ ਨੇ ਰਜਿਟ੍ਰੇਸ਼ਨ ਲਈ ਰਿਫੰਡੇਬਲ ਸਕਿਓਰਿਟੀ 11 ਲੱਖ ਤੋਂ ਘਟਾ 5 ਲੱਖ ਰੁਪਏ ਕਰ ਦਿੱਤੀ ਹੈ।

 

  

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

ਡੋਡਾ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਨੇ ਜਿੱਤ ਨਾਲ ਆਪਣਾ ਖਾਤਾ ਖੋਲ੍ਹ ਲਿਆ ਹੈ। ਡੋਡਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿਰਾਜ ਮਲਿਕ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ 4538 ਵੋਟਾਂ ਦੇ ਫਰਕ ਨਾਲ ਹਰਾਇਆ। ‘ਆਪ’ ਉਮੀਦਵਾਰ ਮਹਿਰਾਜ ਮਲਿਕ ਨੂੰ 23228 ਵੋਟਾਂ ਹਾਸਲ ਹੋਈਆਂ ਜਦਕਿ ਭਾਜਪਾ ਉਮੀਦਵਾਰ ਗਜਯ ਸਿੰਘ ਰਾਣਾ ਨੂੰ 18690 ਵੋਟਾਂ ਹਾਸਲ ਹੋਈਆਂ। ਮਹਿਰਾਜ ਮਲਿਕ ਨੂੰ ਉਨ੍ਹਾਂ ਦੀ ਜਿੱਤ ’ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ਜੰਮੂ-ਕਸ਼ਮੀਰ ਦੇ ਡੋਡਾ ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਮਹਿਰਾਜ ਮਲਿਕ ਨੂੰ ਸ਼ਾਨਦਾਰ ਜਿੱਤ ਲਈ ਬਹੁਤ-ਬਹੁਤ ਮੁਬਾਰਕਾਂ। ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ।

 

ਪਿੰਡ ਲੁਹਾਰਾ ਮਾਜਰਾ ਦੇ ਲੋਕਾਂ ਨੇ ਸਰਬਸੰਮਤੀ ਨਾਲ ਕੀਤੀ ਸਰਪੰਚ ਦੀ ਚੋਣ

ਪਟਿਆਲਾ/ਬਿਊਰੋ ਨਿਊਜ਼ : ਮਸ਼ਹੂਰ ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਵਿਰਕ ਨੂੰ ਪਟਿਆਲਾ ਜ਼ਿਲ੍ਹੇ ਦੇ ਨਾਭਾ ਬਲਾਕ ਅਧੀਨ ਆਉਂਦੇ ਪਿੰਡ ਲੁਹਾਰ ਮਾਜਰਾ ਦਾ ਸਰਪੰਚ ਚੁਣ ਲਿਆ ਗਿਆ ਹੈ। ਪਿੰਡ ਵਾਲਿਆਂ ਨੇ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਹੈ। ਕੁਲਜੀਤ ਸਿੰਘ ਦੇ ਸਰਪੰਚ ਚੁਣੇ ਜਾਣ ਤੋਂ ਬਾਅਦ ਐਮੀ ਵਿਰਕ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਕੁਲਜੀਤ ਸਿੰਘ ਵਿਰਕ ਸਰਪੰਚ ਚੁਣੇ ਜਾਣ ਤੋਂ ਪਹਿਲਾਂ ਵੀ ਪਿੰਡ ਵਿਚ ਸਮਾਜ ਕਲਿਆਣ ਦੇ ਕੰਮ ਕਰਦੇ ਰਹਿੰਦੇ ਸਨ ਅਤੇ ਹੁਣ ਪਿੰਡ ਵਾਲਿਆਂ ਨੇ ਸਰਬਸੰਮਤੀ ਨਾਲ ਸਰਪੰਚ ਚੁਣ ਕੇ ਉਨ੍ਹਾਂ ਨੂੰ ਹੋਰ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਕੁਲਜੀਤ ਸਿੰਘ ਵਿਰਕ ਨੇ ਕਿਹਾ ਕਿ ਪਿੰਡ ਵਾਲਿਆਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ ਉਹ ਇਸ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਿੰਡ ਦੇ ਵਿਕਾਸ ਲਈ ਕੰਮ ਕਰਨਗੇ।

 

ਪਾਰਟੀ ਨੇ ਚੋਣ ਕਮਿਸ਼ਨ ਨੂੰ ਸੌਂਪਿਆ ਖਰਚਿਆਂ ਸਬੰਧੀ ਵੇਰਵਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ 2024 ਸਮੇਤ ਚਾਰ ਰਾਜਾਂ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਉੜੀਸਾ ਅਤੇ ਸਿੱਕਮ ਦੀਆਂ ਵਿਧਾਨ ਸਭਾ ਚੋਣਾਂ ’ਤੇ 585 ਕਰੋੜ ਰੁਪਏ ਖਰਚ ਕੀਤੇ ਹਨ। ਕਾਂਗਰਸ ਪਾਰਟੀ ਨੇ 20 ਮਾਰਚ ਤੋਂ 1 ਜੂਨ ਤੱਕ ਹੋਈਆਂ ਕੁੱਲ 5 ਚੋਣਾਂ ’ਤੇ ਹੋਏ ਖਰਚਿਆਂ ਦਾ ਵੇਰਵਾ ਚੋਣ ਕਮਿਸ਼ਨ ਨੂੰ ਸੌਂਪ ਦਿੱਤਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਨੇ 585 ਕਰੋੜ ਰੁਪਏ ਵਿਚੋਂ 410 ਕਰੋੜ ਰੁਪਏ ਇਸ਼ਤਿਹਾਰਾਂ ਅਤੇ ਮੀਡੀਆ ਕੰਪੇਨ ’ਤੇ ਖਰਚ ਕੀਤੇ ਜਦਕਿ 46 ਕਰੋੜ ਰੁਪਏ ਸ਼ੋਸ਼ਲ ਮੀਡੀਆ ਰਾਹੀਂ ਚੋਣ ਕੰਪੇਨ ’ਤੇ ਖਰਚ ਕੀਤੇ ਹਨ। ਜ਼ਿਕਰਯੋਗ ਹੈ ਕਿ ਸਾਰੀਆਂ  ਪਾਰਟੀਆਂ ਵੱਲੋਂ ਚੋਣਾਂ ’ਤੇ ਕੀਤੇ ਖਰਚਿਆਂ ਦਾ ਵੇਰਵਾ ਚੋਣ ਕਮਿਸ਼ਨ ਨੂੰ ਰਿਜ਼ਲਟ ਆਉਣ ਤੋਂ ਬਾਅਦ 75 ਤੋਂ 90 ਦਿਨਾਂ ਦੇ ਅੰਦਰ-ਅੰਦਰ ਸੌਂਪਣਾ ਹੁੰਦਾ ਹੈ। ਧਿਆਨ ਰਹੇ ਕਿ ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਗਏ ਸਨ, ਜਿਸ ਨੂੰ ਅੱਜ 124 ਦਿਨ ਹੋ ਗਏ ਹਨ। ਪਰ ਕਾਂਗਰਸ ਪਾਰਟੀ ਤੋਂ ਇਲਾਵਾ ਕਿਸੇ ਵੀ ਹੋਰ ਪਾਰਟੀ ਨੇ ਆਪਣਾ ਚੋਣ ਖਰਚਿਆਂ ਸਬੰਧੀ ਵੇਰਵਾ ਚੋਣ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.