Monday, 22 June 2026

ਕਿਹਾ : ਸਿੰਧੂਦੁਰਗ ’ਚ ਮੂਰਤੀ ਟੁੱਟੀ ਕਿਉਂਕਿ ਨੀਅਤ ਸਾਫ ਨਹੀਂ ਸੀ

ਮੁੰਬਈ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅੱਜ ਮਹਾਰਾਸ਼ਟਰ ਦੇ ਦੌਰੇ ’ਤੇ ਹਨ। ਉਨ੍ਹਾਂ ਕੋਹਲਾਪੁਰ ’ਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਿੰਧੂਦੁਰਗ ’ਚ ਸ਼ਿਵਾਜੀ ਮਹਾਰਾਜ ਦੀ ਮੂਰਤੀ ਟੁੱਟਣ ਦੀ ਘਟਨਾ ’ਤੇ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਨੀਅਤ ਦਿਖ ਜਾਂਦੀ ਹੈ ਅਤੇ ਉਸ ਨੂੰ ਛੁਪਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਭਾਜਪਾ ’ਤੇ ਨਿਸਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਮੂਰਤੀ ਬਣਵਾਈ ਅਤੇ ਉਹ ਕੁੱਝ ਦਿਨਾਂ ਬਾਅਦ ਹੀ ਟੁੱਟ ਗਈ, ਕਿਉਂਕਿ ਉਨ੍ਹਾਂ ਦੀ ਨੀਅਤ ਖਰਾਬ ਸੀ। ਸ਼ਿਵਾਜੀ ਮਹਾਰਾਜ ਦੀ ਮੂਰਤੀ ਨੇ ਸੁਨੇਹਾ ਦਿੱਤਾ ਕਿ ਜੇਕਰ ਤੁਸੀਂ ਮੂਰਤੀ ਬਣਵਾਓਗੇ ਤਾਂ ਸ਼ਿਵਾਜੀ ਵਿਚਾਰਧਾਰਾ ਦੀ ਰੱਖਿਆ ਕਰਨੀ ਪਵੇਗੀ। ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਇਸ ਦੌਰੇ ਨੂੰ ਅਹਿਮ ਮੰਨਿਆ ਜਾ ਰਿਹਾ ਹੈ। 

  

ਸਕੂਲ ਪਿ੍ਰੰਸੀਪਲ ਨੂੰ ਆਈ ਈਮੇਲ, ਪੁਲਿਸ ਜਾਂਚ ’ਚ ਜੁਟੀ

ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਸਥਿਤ ਜਸਟਿਸ ਗੁਰਨਾਮ ਸਿੰਘ ਮਾਰਗ ਧਾਂਦਰਾ ਸੜਕ ਸਥਿਤ ਆਦਰਸ਼ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸਕੂਲ ਪਿ੍ਰੰਸੀਪਲ ਨੂੰ ਈਮੇਲ ਰਾਹੀਂ ਮਿਲੀ ਹੈ। ਜਿਸ ’ਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਸਕੂਲ ਨੂੰ 5 ਅਕਤੂਬਰ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਿਸ ਮੋਬਾਇਲ ਨੰਬਰ ਤੋਂ ਇਹ ਈਮੇਲ ਭੇਜੀ ਗਈ ਸੀ, ਉਹ ਨੰਬਰ ਬਿਹਾਰ ਦਾ ਦੱਸਿਆ ਜਾ ਰਿਹਾ ਹੈ। ਮਾਮਲੇ ਦੀ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਮੁਲਾਜ਼ਮਾਂ ਨੇ ਇਸ ਮਾਮਲੇ ’ਚ ਫਿਲਹਾਲ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਪਰ ਅੰਦਾਜ਼ਾ ਇਹ ਲਗਾਇਆ ਜਾ ਰਿਹਾ ਹੈ ਕਿ ਇਹ ਕਿਸੇ ਵੱਲੋਂ ਸ਼ਰਾਰਤੀ ਕੀਤੀ ਗਈ ਹੈ। ਉਥੇ ਹੀ ਲੁਧਿਆਣਾ ਪੁਲਿਸ ਵੱਲੋਂ ਇਕ 15 ਸਾਲਾ ਨਾਬਾਲਿਗ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਕਿਉਂਕਿ ਜਿਸ ਨੰਬਰ ’ਤੇ ਈਮੇਲ ਐਡਰੈਸ ਜਨਰੇਟ ਹੋਇਆ ਸੀ, ਉਸ ਦੇ ਆਧਾਰ ’ਤੇ ਹੀ ਨਾਬਾਲਿਗ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਹੈ ਮੁਕਾਬਲਾ

ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ ਹਰਿਆਣਾ ਵਿਧਾਨ ਸਭਾ ਲਈ ਅੱਜ ਵੋਟਾਂ ਪਾਈਆਂ ਜਾ ਰਹੀਆਂ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਵੇਰੇ 9 ਵਜੇ ਤੱਕ 10 ਫੀਸਦੀ ਵੋਟਿੰਗ ਹੋ ਚੁੱਕੀ ਹੈ। ਜਦਕਿ ਸਭ ਤੋਂ ਜ਼ਿਆਦਾ ਵੋਟਿੰਗ 12. 71 ਫੀਸਦੀ ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿਚ ਰਿਕਾਰਡ ਕੀਤੀ ਗਈ ਅਤੇ ਪੰਚਕੂਲਾ ’ਚ ਸਭ ਤੋਂ ਘੱਟ 4 ਫੀਸਦੀ ਵੋਟਿੰਗ ਹੋਈ। ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ। ਜਦਕਿ ਇਨ੍ਹਾਂ ਚੋਣਾਂ ਦੇ ਨਤੀਜੇ ਆਉਂਦੀ 8 ਅਕਤੂਬਰ ਨੂੰ ਐਲਾਨੇ ਜਾਣਗੇ। ਹਰਿਆਣਾ ਚੋਣਾਂ ’ਚ ਮੁੱਖ ਮੁਕਾਬਲਾ ਭਾਰਤੀ ਜਨਤਾ ਪਾਰਟੀ, ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵਿਚਾਲੇ ਦੇਖਿਆ ਜਾ ਰਿਹਾ ਹੈ। ਇਸੇ ਤਰ੍ਹਾਂ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥ ’ਤੇ ਪਹੁੰਚ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ। ਹਰਿਆਣਾ ਦੇ ਕੁਰਕੂਸ਼ੇਤਰ ਤੋਂ ਭਾਜਪਾ ਦੇ ਸੰਸਦ ਮੈਂਬਰ ਨਵੀਨ ਜਿੰਦਲ ਘੋੜੇ ’ਤੇ ਸਵਾਰ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪਹੁੰਚੇ। ਕੇਂਦਰੀ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਰਨਾਲ ’ਚ ਆਪਣੇ ਬੂਥ ’ਤੇ ਸਭ ਤੋਂ ਪਹਿਲਾਂ ਵੋਟ ਪਾਈ ਜਦਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਾਰਾਇਣਗੜ੍ਹ ’ਚ ਆਪਣੀ ਵੋਟ ਪਾਈ। ਇਸੇ ਤਰ੍ਹਾਂ ਉਲੰਪਿਕ ਮੈਡਲ ਜੇਤੂ ਮਨੂੰ ਭਾਕਰ, ਸਾਬਕਾ ਪਹਿਲਵਾਨ ਵਿਨੇਸ਼ ਫੋਗਾਟ ਨੇ ਆਪਣੀ ਵੋਟ ਪਾਈ।

ਕਿਹਾ : ਰਵਨੀਤ ਬਿੱਟੂ ਅਤੇ ਕੰਗਣਾ ਰਣੌਤ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਰ ਰਹੇ ਨੇ ਕੋਸ਼ਿਸ਼

ਚੰਡੀਗੜ੍ਹ/ਬਿਊਰੋ ਨਿਊਜ਼ : ਫਸਲਾਂ ’ਤੇ ਐਮਐਸਪੀ ਦੀ ਗਰੰਟੀ ਅਤੇ ਲਖਮੀਰਪੁਰ ਖੀਰੀ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਦੋ ਘੰਟੇ ਰੇਲਾਂ ਦਾ ਚੱਕਾ ਜਾਮ ਰੱਖਿਆ। ਇਸ ਮੌਕੇ ਕਿਸਾਨਾਂ ਨੇ ਰੇਲਵੇ ਟਰੈਕਾਂ ’ਤੇ ਬੈਠ ਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਇਹ ਪ੍ਰਦਰਸ਼ਨ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਚੱਲਿਆ। ਇਹ ਰੋਸ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚਾ ਗੈਰਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਸੰਗਠਨ ਦੇ ਸੱਦੇ ’ਤੇ ਕੀਤਾ ਗਿਆ ਸੀ। ਅੰਮਿ੍ਰਤਸਰ ਵਿਖੇ ਰੇਲ ਰੋਕੋ ਅੰਦੋਲਨ ’ਚ ਪਹੁੰਚੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਭਾਜਪਾ ਦੀ ਸੰਸਦ ਮੈਂਬਰ ਕੰਗਣਾ ਰਣੌਤ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਅਤੇ ਸੂਬਾ ਸਰਕਾਰ ਨੇ ਸਮੇਂ ਸਿਰ ਆੜ੍ਹਤੀਆਂ ਦੀ ਹੜਤਾਲ ਨੂੰ ਖਤਮ ਨਾ ਕਰਵਾਇਆ ਤਾਂ ਉਹ ਇਸ ਅੰਦੋਲਨ ਵਿਚ ਵੀ ਸ਼ਾਮਲ ਹੋ ਜਾਣਗੇ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.