Monday, 22 June 2026

ਨੌਜਵਾਨਾਂ ਨੂੰ ਨਸ਼ਾ ਛੱਡਣ ਦੀ ਕੀਤੀ ਅਪੀਲ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਹੁਣ ਕਮੇਡੀਅਨ ਕਪਿਲ ਸ਼ਰਮਾ ਵੀ ਜੁੜ ਗਏ ਹਨ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਇਕ ਵੀਡੀਓ ਸ਼ੇਅਰ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਬਚ ਕੇ ਰਹਿਣ ਅਤੇ ਨਸ਼ਿਆਂ ਦੇ ਚੁੰਗਲ ਵਿਚ ਨਾ ਫਸਣ। ਕਪਿਲ ਸ਼ਰਮਾ ਨੇ ਅੱਗੇ ਕਿਹਾ ਕਿ ਜਿਹੜਾ ਵੀ ਵਿਅਕਤੀ ਨਸ਼ਾ ਕਰਦਾ ਹੈ ਅਤੇ ਉਹ ਨਸ਼ਾ ਛੱਡਣਾ ਚਾਹੁੰਦਾ ਹੈ, ਉਸ ਦੀ ਨਸ਼ਾ ਛੱਡਣ ਲਈ ਪੂਰੀ ਮਦਦ ਕੀਤੀ ਜਾਵੇਗੀ। ਕਪਿਲ ਸ਼ਰਮਾ ਨੇ ਪੰਜਾਬ ਪੁਲਿਸ ਦੀ ਵੈਬਸਾਈਡ ’ਤੇ ਲਿਖਿਆ ਕਿ ਪੰਜਾਬ ’ਚ ਨਸ਼ਿਆਂ ਦਾ ਦਰਿਆ ਵਗ ਰਿਹਾ ਹੈ। ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਇਹ ਨਹੀਂ ਪਤਾ ਕੀ ਉਹ ਕੀ ਕਰ ਰਹੇ ਹਨ ਅਤੇ ਇਸ ਦਾ ਅੱਗੇ ਜਾ ਕੇ ਕੀ ਹਸ਼ਰ ਹੋਵੇਗਾ। ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਪੰਜਾਬ ’ਚੋਂ ਨਸ਼ਿਆਂ ਨੂੰ ਖਤਮ ਕੀਤਾ ਜਾਵੇ ਅਤੇ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੀ ਮਦਦ ਕੀਤੀ ਜਾਵੇ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਇਸ ਮੁਹਿੰਮ ਨਾਲ ਬੀਨੂ ਢਿੱਲੋਂ, ਜਸਬੀਰ ਜੱਸੀ, ਗੁਰਚੇਤ ਚਿੱਤਰਕਾਰ ਅਤੇ ਉਲੰਪੀਅਨ ਮਨੂੰ ਭਾਕਰ ਵੀ ਜੁੜ ਚੁੱਕੇ ਹਨ।

  

ਹਾਈ ਕੋਰਟ ਨੇ ਪੰਚਾਇਤੀ ਚੋਣਾਂ ਖਿਲਾਫ਼ ਪਾਈਆਂ ਪਟੀਸ਼ਨਾਂ ਨੂੰ ਕੀਤਾ ਖਾਰਜ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦਾ ਰਸਤਾ ਹੁਣ ਬਿਲਕੁਲ ਸਾਫ਼ ਹੋ ਗਿਆ ਹੈ। ਕਿਉਂਕਿ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਪੰਚਾਇਤੀ ਚੋਣਾਂ ਖਿਲਾਫ਼ ਦਾਇਰ ਕੀਤੀਆਂ ਗਈਆਂ ਸਾਰੀਆਂ ਪਟੀਸ਼ਨਾਂ ਨੂੰ ਕੋਰਟ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ। ਸਮੁੱਚੇ ਪੰਜਾਬ ਅੰਦਰ ਹੁਣ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੀ ਹੋਣਗੀਆਂ। ਜ਼ਿਕਰਯੋਗ ਹੈ ਕਿ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਪੰਚਾਇਤੀ ਚੋਣਾਂ ਖਿਲਾਫ਼ 170 ਦੇ ਲਗਭਗ ਪਟੀਸ਼ਨਾਂ ਦਾਖਲ ਕੀਤੀਆਂ ਗਈਆਂ ਸਨ। ਇਨ੍ਹਾਂ ਵਿਚੋਂ ਜ਼ਿਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ ਸਬੰਧਤ ਸਨ। ਜਦਕਿ ਕਈ ਪਟੀਸ਼ਨਾਂ ਇਕ ਹੀ ਪਰਿਵਾਰ ਦੀਆਂ ਵੋਟਾਂ ਅਲੱਗ-ਅਲੱਗ ਵਾਰਡ ’ਚ ਬਣਾਉਣ ਅਤੇ ਚੁੱਲ੍ਹਾ ਟੈਕਸ ਨਾਲ ਜੁੜੀਆਂ ਹੋਈਆਂ ਸਨ। ਅਦਾਲਤ ਨੇ ਅੱਜ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਇਨ੍ਹਾਂ ਸਾਰੀਆਂ ਦਿੱਕਤਾਂ ਨੂੰ ਸਹੀ ਕਰਨ ਦਾ ਹੁਕਮ ਵੀ ਦਿੱਤਾ ਹੈ।

 

ਅੰਮਿ੍ਰਤਸਰ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਬੁਖਾਰ ਹੋ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਇਲਾਜ ਲਈ ਅੰਮਿ੍ਰਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਿੰਘ ਸਾਹਿਬ ਨੂੰ ਡੇਂਗੂ ਬੁਖਾਰ ਦੇ ਲੱਛਣ ਸਾਹਮਣੇ ਆਉਣ ’ਤੇ ਲੰਘੇ ਦਿਨ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਉਹਨਾਂ ਕਿਹਾ ਕਿ ਡਾਕਟਰਾਂ ਵੱਲੋਂ ਲੋਂੜੀਦੇ ਟੈਸਟਾਂ ਤੋਂ ਬਾਅਦ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਪਰ ਇਨਫੈਕਸ਼ਨ ਦੇ ਖਤਰੇ ਨੂੰ ਧਿਆਨ ਵਿਚ ਰੱਖਦੇ ਹੋਏ ਡਾਕਟਰਾਂ ਵੱਲੋਂ ਉਹਨਾਂ ਨੂੰ ਅਗਲੇ ਕੁਝ ਦਿਨਾਂ ਤੱਕ ਕਿਸੇ ਨਾਲ ਵੀ ਮਿਲਣ ਦੀ ਮਨਾਹੀ ਕੀਤੀ ਗਈ ਹੈ।

ਕਾਂਗਰਸ ਦੇ ਇਤਰਾਜ਼ ਨੂੰ ਕੀਤਾ ਗਿਆ ਨਜ਼ਰਅੰਦਾਜ਼, ਤਿੰਨ ਸ਼ਰਤਾਂ ’ਤੇ ਮਿਲੀ 20 ਦਿਨਾਂ ਦੀ ਪੈਰੋਲ

ਰੋਹਤਕ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਬੁੱਧਵਾਰ ਨੂੰ ਇਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਏ ਹਨ। ਭਾਰਤੀ ਚੋਣ ਕਮਿਸ਼ਨ ਨੇ ਤਿੰਨ ਸ਼ਰਤਾਂ ਦੇ ਆਧਾਰ ’ਤੇ ਉਨ੍ਹਾਂ ਨੂੰ 20 ਦਿਨ ਦੀ ਪੈਰੋਲ ਦਿੱਤੀ  ਹੈ ਜਦਕਿ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਦੀ ਪੈਰੋਲ ਦਾ ਵਿਰੋਧ ਕੀਤਾ ਗਿਆ ਸੀ। ਚੋਣ ਕਮਿਸ਼ਨ ਵੱਲੋਂ ਰਾਮ ਰਹੀਮ ’ਤੇ ਜਿਹੜੀਆਂ ਤਿੰਨ ਸ਼ਰਤਾਂ ਲਗਾਈਆਂ ਗਈਆਂ ਹਨ ਉਨ੍ਹਾਂ ’ਚ ਪਹਿਲੀ ਸ਼ਰਤ ਇਹ ਹੈ ਕਿ ਉਹ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹਰਿਆਣਾ ’ਚ ਨਹੀਂ ਰਹਿਣਗੇ। ਦੂਜੀ ਸ਼ਰਤਾਂ ਅਨੁਸਾਰ ਉਹ ਕਿਸੇ ਵੀ ਰਾਜਨੀਤਿਕ ਐਕਟੀਵਿਟੀ ’ਚ ਸ਼ਾਮਲ ਨਹੀਂ ਹੋਣ ਅਤੇ ਤੀਜੀ ਸ਼ਰਤ ਅਨੁਸਾਰ ਉਹ ਸ਼ੋਸ਼ਲ ਮੀਡੀਆ ਰਾਹੀਂ ਚੋਣ ਪ੍ਰਚਾਰ ਨਹੀਂ ਕਰਨਗੇ। ਚੋਣ ਕਮਿਸ਼ਨ ਵੱਲੋਂ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਰਾਮ ਰਹੀਮ ਚੋਣ ਜਾਬਤੇ ਦੀ ਉਲੰਘਣਾ ਕਰਦਾ ਹੈ ਤਾਂ ਉਸਦੀ ਪੈਰੋਲ ਤੁਰੰਤ ਕੈਂਸਲ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਲਈ ਆਉਂਦੀ 5 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਸਿਆਸੀ ਮਾਹਿਰਾਂ ਵੱਲੋਂ ਰਾਮ ਰਹੀਮ ਦੀ ਪੈਰੋਲ ਨੂੰ ਹਰਿਆਣਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.