Monday, 22 June 2026

ਦਿੱਲੀ ’ਚ ਐਮਓਯੂ ਕੀਤਾ ਗਿਆ ਸਾਈਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਰਹੇ ਮੌਜੂਦ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਪ੍ਰਾਇਮਰੀ ਸਕੂਲਾਂ ’ਚ ਹੁਣ ਫਿਨਲੈਂਡ ਦੀ ਤਰਜ ’ਤੇ ਪੜ੍ਹਾਈ ਹੋਵੇਗੀ। ਇਸ ਦੇ ਲਈ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਤੋਂ ਟ੍ਰੇਨਿੰਗ ਕਰਵਾਈ ਜਾਵੇਗੀ। ਦਿੱਲੀ ’ਚ ਫਿਨਲੈਂਡ ਦੀ ਅੰਬੈਂਸੀ ’ਚ ਤੁਰਕੂ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਵੱਲੋਂ ਐਮਓਯੂ ਸਾਈਨ ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੌਜੂਦ ਰਹੇ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਟ੍ਰੇਨਿੰਗ ਦੇ ਲਈ ਫਿਨਲੈਂਡ ਭੇਜਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਲੰਘੇ ਦਿਨੀਂ ਐਲਾਨ ਕੀਤਾ ਗਿਆ ਸੀ ਅਤੇ ਇਹ ਟ੍ਰੇਨਿੰਗ ਪ੍ਰੋਗਰਾਮ ਤਿੰਨ ਹਫਤਿਆਂ ਦਾ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਟ੍ਰੇਨਿੰਗ ਲੈਣ ਦੀ ਇੱਛੁਕ ਅਧਿਆਪਕਾਂ ਕੋਲੋਂ ਆਨਲਾਈਨ ਅਰਜੀਆਂ ਮੰਗੀਆਂ ਹਨ ਅਤੇ ਅਰਜੀਆਂ ਦੇ ਆਧਾਰ ’ਤੇ ਟ੍ਰੇਨਿੰਗ ਲਈ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।

  

ਰੰਧਾਵਾ ਨੇ ਮਲਿਕਾਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ

ਪਠਾਨਕੋਟ/ਬਿਊਰੋ ਨਿਊਜ਼ : ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਸੁਖਜਿੰਦਰ ਰੰਧਾਵਾ ਨੇ ਇਸ ਨਿਯੁਕਤੀ ਲਈ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਇੰਚਾਰਜ ਕੇ ਸੀ ਵੇਣੂਗੋਪਾਲ ਦਾ ਧੰਨਵਾਦ ਕੀਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਦਾ ਲੋਕ ਸਭਾ ਹਲਕਾ ਗੁਰਦਾਸਪੁਰ ਪਾਕਿਸਤਾਨ ਦੀ ਸਰਹੱਦ ਨਾਲ ਲਗਦਾ ਹੈ। ਇਸ ਲਈ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬਣਨਾ ਉਨ੍ਹਾਂ ਲਈ ਹੋਰ ਵੀ ਜ਼ਿਆਦਾ ਅਹਿਮੀਅਤ ਰੱਖਦਾ ਹੈ। ਸੁਖਜਿੰਦਰ ਸਿੰਘ ਰੰਧਾਵਾ ਦੀ ਇਸ ਨਿੁਯੁਕਤੀ ਸਬੰਧੀ ਜਾਣਕਾਰੀ ਉਨ੍ਹਾਂ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜਨ ਵੱਲੋਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਰੰਧਾਵਾ ਰਾਜਸਥਾਨ ਕਾਂਗਰਸ ਦੇ ਇੰਚਾਰਜ ਵੀ ਰਹਿ ਚੁੱਕੇ ਹਨ।

  

ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ’ਚ ਟੋਲ ਪਲਾਜ਼ਾ ਵਰਕਰ ਯੂਨੀਅਨ ਨੇ ਲਿਆ ਫੈਸਲਾ

ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦਾ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ੇ ਨੂੰ ਅੱਜ ਸ਼ੁੱਕਰਵਾਰ ਤੋਂ ਟੋਲ ਮੁਕਤ ਕਰ ਦਿੱਤਾ ਗਿਆ ਹੈ। ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਦੌਰਾਨ ਟੋਲ ਪਲਾਜ਼ੇ ਨੂੰ ਅਣਮਿੱਥੇ ਸਮੇਂ ਲਈ ਫਰੀ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਵਰਕਰਾਂ ਦੀਆਂ ਮੰਗਾਂ ਪਿਛਲੇ ਲੰਬੇ ਸਮੇਂ ਤੋਂ ਪੂਰੀਆਂ ਨਾ ਕੀਤੇ ਜਾਣ ਦੇ ਵਿਰੋਧ ’ਚ ਅਸੀਂ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ੇ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਕੋਈ ਸਰਕਾਰੀ ਛੁੱਟੀ ਨਹੀਂ, ਈਐਸਆਈ ਦੀ ਕੋਈ ਸਹੂਲਤ ਅਤੇ ਨਾ ਹੀ ਉਨ੍ਹਾਂ ਦਾ ਪੀਐਫ ਕੱਟਿਆ ਜਾਂਦਾ ਹੈ। ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ੇ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨਾਲ ਇਹ ਸਰਾਸਰ ਧੱਕਾ ਹੈ। ਉਨ੍ਹਾਂ ਦੱਸਿਆ ਕਿ ਲਾਡੋਵਾਲ ਟੋਲ ਪਲਾਜ਼ੇ ਤੋਂ ਰੋਜ਼ਾਨਾ ਲਗਭਗ 70 ਹਜ਼ਾਰ ਤੋਂ ਵੱਧ ਵਾਹਨ ਲੰਘਦੇ ਹਨ ਅਤੇ ਇਥੋਂ ਇਕ ਦਿਨ ’ਚ ਲਗਭਗ 70 ਲੱਖ ਰੁਪਏ ਦੀ ਕਮਾਈ ਹੁੰਦੀ ਹੈ।

  

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਦਿੱਤੀ ਵਧਾਈ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਰਤਾਨੀਆ ਦੀ ਸਿੱਖਿਆ ਗਰੇਡ ਪ੍ਰਣਾਲੀ ਵਿਚ ਗੁਰਮਤਿ ਸੰਗੀਤ ਨੂੰ ਸ਼ਾਮਿਲ ਕਰਨ ’ਤੇ ਸਮੁੱਚੀ ਸਿੱਖ ਕੌਮ ਨੂੰ ਵਧਾਈ ਦਿੱਤੀ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਲੰਡਨ ਦੇ ਸੰਗੀਤ ਸਿੱਖਿਆ ਬੋਰਡ ਵਲੋਂ ਆਪਣੀ ਕੌਮਾਂਤਰੀ ਪੱਧਰ ਦੀ ਅੱਠ ਗਰੇਡ ਵਾਲੀ ਸੰਗੀਤ ਪ੍ਰੀਖਿਆ ’ਚ ਗੁਰਮਤਿ ਸੰਗੀਤ ਦੇ ਸਾਜ਼ ਦਿਲਰੁਬਾ, ਸਾਰੰਦਾ, ਤਾਊਸ, ਅਸਰਾਜ ਅਤੇ ਸਾਰੰਗੀ ਨੂੰ ਸ਼ਾਮਿਲ ਕਰਨਾ ਮਾਣ ਵਾਲੀ ਗੱਲ ਹੈ। ਇਸ ਨਾਲ ਗੁਰਮਤਿ ਸੰਗੀਤ ਦਾ ਅਧਿਐਨ ਕਰਨ ਵਾਲੇ ਹਰ ਸਿਖਿਆਰਥੀ ਨੂੰ ਉਤਸ਼ਾਹ ਮਿਲੇਗਾ ਅਤੇ ਵਿਸ਼ਵ ਭਰ ਦੇ ਲੋਕਾਂ ਨੂੰ ਸੰਗੀਤ ਪਰੰਪਰਾ ’ਚ ਅਦੁੱਤੀ ਸਥਾਨ ਰੱਖਣ ਵਾਲੇ ਅਲੌਕਿਕ ਗੁਰਮਤਿ ਸੰਗੀਤ ਨਾਲ ਜੁੜਣ ਦਾ ਮੌਕਾ ਮਿਲੇਗਾ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਬਰਤਾਨੀਆ ਦੀ ਸਮੂਹ ਸਿੱਖ ਸੰਗਤ ਦੀ ਅਣਥੱਕ ਕੋਸ਼ਿਸ਼ਾਂ ਸਦਕਾ ਹੀ ਸੰਭਵ ਹੋਇਆ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.