Monday, 22 June 2026

ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਨਾ ਮੰਨੇ ਜਾਣ ਕਰਕੇ ਸੀ ਪ੍ਰੇਸ਼ਾਨ

ਖਨੌਰੀ/ਬਿਊਰੋ ਨਿਊਜ਼ : ਖਨੌਰੀ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਗੁਰਮੀਤ ਸਿੰਘ ਨੇ ਖੁਦਕੁਸ਼ੀ ਕਰ ਲਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਿ੍ਰਤਕ ਕਿਸਾਨ ਗੁਰਮੀਤ ਸਿੰਘ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਤ ਸੀ ਅਤੇ ਉਹ ਮੋਰਚੇ ਦੌਰਾਨ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਸੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਬਲਦੇਵ ਸਿੰਘ ਸੰਧੋਆ ਨੇ ਦੱਸਿਆ ਕਿ ਮਿ੍ਰਤਕ ਕਿਸਾਨ ਮੋਰਚੇ ਦਾ ਧੁਰਾ ਸੀ। ਉਹ ਕਿਸਾਨ ਮੋਰਚੇ ਨੂੰ ਇੰਨਾ ਜ਼ਿਆਦਾ ਪਿਆਰ ਕਰਦਾ ਸੀ ਕਿ ਉਹ ਆਪਣੇ ਪੁੱਤਰ ਦੇ ਵਿਆਹ ਵਿੱਚ ਵੀ ਨਹੀਂ ਸੀ ਗਿਆ ਅਤੇ ਉਹ ਮੋਰਚੇ ’ਤੇ ਹੀ ਡਟਿਆ ਰਿਹਾ ਸੀ। ਕਿਸਾਨ ਆਗੂਆਂ ਨੇ ਦੱਸਿਆ ਕਿ ਮਿ੍ਰਤਕ ਕਿਸਾਨ ਗੁਰਮੀਤ ਸਿੰਘ ਪਿਛਲੇ ਕੁਝ ਦਿਨਾਂ ਤੋਂ ਸਰਕਾਰ ਦੀ ਬੇਰੁਖੀ ਅਤੇ ਕਿਸਾਨੀ ਮੰਗਾਂ ਨਾ ਮੰਨੇ ਜਾਣ ਕਰਕੇ ਪ੍ਰੇਸ਼ਾਨ ਸੀ।

 

ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤੇ ਹੁਕਮ

ਚੰਡੀਗੜ੍ਹ/ਬਿਊਰੋ ਨਿਊਜ਼ :  ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ ਜੱਜ ਦੇ ਨਿੱਜੀ ਸੁਰੱਖਿਆ ਅਧਿਕਾਰੀ ਦਾ ਪਿਸਤੌਲ ਖੋਹ ਕੇ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖਤ ਨੋਟਿਸ ਲਿਆ ਹੈ। ਇਸ ਮਾਮਲੇ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਅੱਜ ਸੁਣਵਾਈ ਕੀਤੀ ਗਈ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਇਸ ਦੌਰਾਨ ਅਦਾਲਤ ਨੇ ਕਿਹਾ ਕਿ ਅੰਮਿ੍ਰਤਸਰ ਵਿਖੇ ਵਾਪਰੀ ਘਟਨਾ ਸੁਰੱਖਿਆ ’ਚ ਕੁਤਾਹੀ ਦਾ ਮਾਮਲਾ ਹੈ ਅਤੇ ਇਹ ਇਕ ਗੰਭੀਰ ਮੁੱਦਾ ਹੈ। ਇਸ ਮਾਮਲੇ ’ਚ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਜਾਂਚ ਦੀ ਰਿਪੋਰਟ ਵੀ ਹਾਈਕੋਰਟ ਵੱਲੋਂ ਤਲਬ ਕੀਤੀ ਗਈ ਹੈ। ਸੁਣਵਾਈ ਦੌਰਾਨ ਚੰਡੀਗੜ੍ਹ ਪੁਲਿਸ ਦੇ ਅਧਿਕਾਰੀ ਵੀ ਮੌਜੂਦ ਰਹੇ। ਕੋਰਟ ਨੇ ਜੱਜਾਂ ਦੀ ਸੁਰੱਖਿਆ ਵਧਾਉਣ ਅਤੇ ਚੰਡੀਗੜ੍ਹ ਪੁਲਿਸ ਨੂੰ ਜੱਜਾਂ ਨੂੰ ਦਿੱਤੀ ਗਈ ਸੁਰੱਖਿਆ ਦੀ ਸਮੀਖਿਆ ਕਰਨ ਦੇ ਹੁਕਮ ਵੀ ਦਿੱਤੇ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 27 ਸਤੰਬਰ ਨੂੰ ਕੀਤੀ ਜਾਵੇਗੀ।

     

ਮੈਡੀਕਲ ਦਾਖਲਿਆਂ ’ਚ ਐਨਆਰਆਈਜ਼ ਦਾ ਕੋਟਾ ਵਧਾਉਣ ਵਾਲੀ ਪਟੀਸ਼ਨ ਕੀਤੀ ਰੱਦ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਸੁਪਰੀਮ ਕੋਰਟ ਨੇ ਸੂਬੇ ਦੇ ਮੈਡੀਕਲ ਕਾਲਜਾਂ ਵਿਚ ਐੱਮਬੀਬੀਐੱਸ ਅਤੇ ਬੀਡੀਐੱਸ ਕੋਰਸਾਂ ’ਚ ਦਾਖ਼ਲਿਆਂ ਲਈ ਐੱਨਆਰਆਈ ਕੋਟੇ ਦਾ ਦਾਇਰਾ ਵਧਾਉਣ ਲਈ ਪਾਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਦੇ ਫ਼ੈਸਲੇ ਖਿਲਾਫ਼ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿਸ ਨੂੰ ਅੱਜ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਧੋਖਾਧੜੀ ਅਤੇ ਪੈਸੇ ਕਮਾਉਣ ਦਾ ਜ਼ਰੀਆ ਕਰਾਰ ਦਿੱਤਾ ਹੈ। ਚੀਫ਼ ਜਸਟਿਸ਼ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਸਰਕਾਰ ਅਤੇ ਹੋਰਨਾਂ ਵੱਲੋਂ ਦਾਇਰ ਪਟੀਸ਼ਨਾਂ ਨੂੰ ਰੱਦ ਕਰਦਿਆਂ ਕਿਹਾ ਕਿ ਸਾਨੂੰ ਇਹ ਮਾਮਲਾ ਬੰਦ ਕਰ ਦੇਣਾ ਚਾਹੀਦਾ ਹੈ। ਇਹ ਐੱਨਆਰਆਈ ਕਾਰੋਬਾਰ ਫਰਾਡ ਤੋਂ ਬਿਨਾਂ ਹੋਰ ਕੁਝ ਵੀ ਨਹੀਂ ਅਤੇ ਇਸ ਮਾਮਲੇ ਨੂੰ ਸਾਨੂੰ ਹੁਣ ਖ਼ਤਮ ਕਰ ਦੇਣਾ ਚਾਹੀਦਾ ਹੈ। 

 

ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ’ਚ ਰਿਵੀਜ਼ਨ ਪਟੀਸ਼ਨ ਕੀਤੀ ਦਾਖਲ

ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਮੁੜ ਤੋਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ 2007 ਨਾਲ ਜੁੜੇ ਹੋਏ ਮਾਮਲੇ ’ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਮ ਰਹੀਮ ਖਿਲਾਫ਼ ਹਾਈ ਕੋਰਟ ਵਿਚ ਰਿਵੀਜ਼ਨ ਪਟੀਸ਼ਨ ਦਾਖਲ ਕੀਤੀ ਗਈ ਹੈ। ਇਸ ਪਟੀਸ਼ਨ ਰਾਹੀਂ ਸੈਸ਼ਨ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ ਅਤੇ ਇਸ ਮਾਮਲੇ ’ਤੇ ਹਾਈ ਕੋਰਟ ਵੱਲੋਂ ਆਉਂਦੀ 7 ਨਵੰਬਰ ਨੂੰ ਸੁਣਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਾਲ 2007 ’ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਿਆ ਸੀ। ਉਸ ਤੋਂ ਬਅਦ ਇਹ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚਿਆ ਸੀ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਤੋਂ ਡੇਰਾ ਮੁਖੀ ਅਤੇ ਉਸਦੇ ਸਮਰਥਕਾਂ ਦਾ ਬਾਈਕਾਟ ਕਰਨ ਦਾ ਹੁਕਮ ਸੁਣਾਇਆ ਗਿਆ ਸੀ। ਉਸ ਸਮੇਂ ਸ਼ੋ੍ਰਮਣੀ ਕਮੇਟੀ ਵੱਲੋਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ’ਚ ਡੇਰਾ ਮੁਖੀ ਖਿਲਾਫ਼ ਬਠਿੰਡਾ ਅਦਾਲਤ ’ਚ ਪਟੀਸ਼ਨ ਦਾਖਲ ਗਈ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ।

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.