Monday, 22 June 2026

ਭਾਜਪਾ ਬੋਲੀ : ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੇਸ਼ ਵਿਰੋਧੀ ਤਾਕਤਾਂ ਦੇ ਨਾਲ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੌਰੇ ’ਤੇ ਗਏ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਲੰਘੀ ਦੇਰ ਰਾਤ ਵਾਸ਼ਿੰਗਟਨ ਡੀਸੀ ’ਚ ਅਮਰੀਕੀ ਕਾਂਗਰਸ ਦੇ ਪ੍ਰਤੀਨਿਧੀ ਮੰਡਲ ਨਾਲ ਮੁਲਾਕਾਤ ਕੀਤੀ। ਰੇਬਰਨ ਹਾਊਸ ’ਚ ਹੋਈ ਇਸ ਮੁਲਾਕਾਤ ਦੌਰਾਨ ਭਾਰਤ ਵਿਰੋਧੀ ਬਿਆਨ ਦੇਣ ਵਾਲੀ ਇਲਹਾਨ ਉਮਰ ਵੀ ਮੌਜੂਦ ਸੀ। ਰਾਹੁਲ ਅਤੇ ਇਲਹਾਨ ਉਮਰ ਦੀ ਇਸ ਮੁਲਾਕਾਤ ਦਾ ਦੇਸ਼ ’ਚ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਭਾਜਪਾ ਆਗੂਆਂ ਵੱਲੋਂ ਵੀ ਇਸ ਮੁਲਾਕਾਤ ਦੀ ਆਲੋਚਨਾ ਕੀਤੀ ਜਾ ਰਹੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਵਿਰੋਧੀ ਗੱਲਾਂ ਕਰਨਾ ਅਤੇ ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ ਦੇ ਨਾਲ ਖੜ੍ਹਨਾ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਆਦਤ ਜਿਹੀ ਬਣ ਗਈ ਹੈ। ਉਧਰ ਭਾਜਪਾ ਦੇ ਬੁਲਾਰੇ ਸੰਜੂ ਵਰਮਾ ਨੇ ਕਿਹਾ ਕਿ ਰਾਹੁਲ ਗਾਂਧੀ ਸੱਤਾ ’ਚ ਆਉਣ ਲਈ ਕਾਹਲੇ ਹਨ ਇਸੇ ਲਈ ਉਹ ਇਕ ਕੱਟੜਪੰਥੀ ਆਗੂ ਨੂੰ ਮਿਲੇ ਹਨ। ਧਿਆਨ ਰਹੇ ਕਿ 40 ਸਾਲਾ ਇਲਹਾਨ ਉਮਰ ਸੋਮਾਲੀਆਈ-ਅਮਰੀਕੀ ਰਾਜਨੀਤਿਕ ਆਗੂ ਜੋ 2019 ’ਚ ਮਿਨੀਸੋਟਾ ਤੋਂ ਚੋਣ ਜਿੱਤ ਕੇ ਅਮਰੀਕਾ ਦੇ ਹੇਠਲੇ ਸਦਨ ’ਚ ਪਹੁੰਚੀ ਸੀ। ਇਲਹਾਨ ਉਮਰ ਕਈ ਵਾਰ ਭਾਰਤ ਵਿਰੋਧੀ ਰੁਖ ਅਪਣਾ ਚੁੱਕੀ ਹੈ ਅਤੇ ਉਨ੍ਹਾਂ ਪੀਓਕੇ ਨੂੰ ਪਾਕਿਸਤਾਨ ਦਾ ਹਿੱਸਾ ਦੱਸਿਆ ਸੀ।

ਹੁਣ ਤੱਕ ਕੈਰੋਂ ਸਮੇਤ 13 ਸਾਬਕਾ ਮੰਤਰੀ ਸੌਂਪ ਚੁੱਕੇ ਹਨ ਆਪਣਾ ਸਪੱਸ਼ਟੀਕਰਨ

ਅੰਮਿ੍ਰਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਸੀ। ਇਸ ਇਕੱਤਰਤਾ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਤ 17 ਸਾਬਕਾ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਸ ਆਦੇਸ਼ ਨੂੰ ਸਵੀਕਾਰ ਕਰਦਿਆਂ ਪਿਛਲੇ ਦਿਨੀਂ ਅਕਾਲੀ ਦਲ ਦੇ 12 ਸਾਬਕਾ ਮੰਤਰੀਆਂ ਨੇ ਆਪੋ-ਆਪਣੇ ਸਪਸ਼ਟੀਕਰਨ ਦੇ ਦਿੱਤੇ ਸਨ। ਅੱਜ ਬੁੱਧਵਾਰ ਨੂੰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਵੀ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪ ਦਿੱਤਾ। ਇਸ ਤੋਂ ਪਹਿਲਾਂ ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸੁੱਚਾ ਸਿੰਘ ਲੰਗਾਹ, ਮਨਪ੍ਰੀਤ ਸਿੰਘ ਬਾਦਲ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਅਤੇ ਸੋਹਣ ਸਿੰਘ ਠੰਡਲ ਨੇ ਵੀ ਆਪਣਾ-ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪ ਦਿੱਤਾ ਸੀ। ਅਜੇ ਤੱਕ ਸਾਬਕਾ ਮੰਤਰੀ ਬੀਬੀ ਉਪਿੰਦਰਜੀਤ ਕੌਰ, ਜਨਮੇਜਾ ਸਿੰਘ ਸੇਖੋਂ,  ਹੀਰਾ ਸਿੰਘ ਗਾਬੜੀਆ ਅਤੇ ਸੁਰਜੀਤ ਸਿੰਘ ਰੱਖੜਾ ਦੇ ਸਪੱਸ਼ਟੀਕਰਨਾਂ ਦੀ ਉਡੀਕ ਕੀਤੀ ਜਾ ਰਹੀ ਹੈ।

  

ਨਗਰ ਨਿਗਮ ਅਤੇ ਜ਼ਿਲ੍ਹਾ ਪਰੀਸ਼ਦ ਦੀਆਂ ਚੋਣਾਂ ’ਚ ਹੋ ਰਹੀ ਦੇਰੀ ਦਾ ਪੁੱਛਿਆ ਕਾਰਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਨਗਰ ਨਿਗਮ ਅਤੇ ਜ਼ਿਲ੍ਹਾ ਪਰੀਸ਼ਦ ਦੀਆਂ ਚੋਣਾਂ ’ਚ ਹੋ ਰਹੀ ਦੇਰੀ ਦੇ ਮਾਮਲੇ ’ਚ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਪੁੱਛਿਆ ਕਿ ਨਗਰ ਨਿਗਮ ਅਤੇ ਜ਼ਿਲ੍ਹਾ ਪਰੀਸ਼ਦ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਵੀ ਚੋਣਾਂ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ। ਅਦਾਲਤ ਵਿਚ ਇਸ ਮਾਮਲੇ ਦੀ ਅਗਲੀ ਸੁਣਵਾਈ 23 ਸਤੰਬਰ ਨੂੰ ਹੋਵੇਗੀ ਅਤੇ ਅਗਲੀ ਸੁਣਵਾਈ ਤੱਕ ਇਸ ਮਾਮਲੇ ’ਚ ਪੰਜਾਬ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਵੀ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਮਾਲੇਰਕੋਟਲਾ ਨਿਵਾਸੀ ਬੇਅੰਤ ਸਿੰਘ ਵੱਲੋਂ ਇਹ ਮਾਮਲਾ ਅਦਾਲਤ ਵਿਚ ਦਾਖਲ ਕੀਤਾ ਗਿਆ ਸੀ। ਬੇਅੰਤ ਸਿੰਘ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਪੰਜਾਬ ਦੀਆਂ 42 ਮਿਊਂਸੀਪਲ ਕਮੇਟੀਆਂ ਦਾ ਕਾਰਜਕਾਲ ਖਤਮ ਹੋਏ ਨੂੰ ਕਈ ਮਹੀਨੇ ਹੋ ਚੁੱਕੇ ਹਨ। ਪਰ ਪੰਜਾਬ ਸਰਕਾਰ ਵੱਲੋਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ।

ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਰਾਸ਼ਟਰਪਤੀ ਕੋਲੋਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਰਾਸ਼ਟਰਪਤੀ ਦਫ਼ਤਰ ਨੇ ਇਹ ਪੱਤਰ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤਾ ਗਿਆ ਹੈ। ਪੱਤਰ ਵਿਚ ਅੱਗੇ ਲਿਖਿਆ ਗਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਿਛਲੇ ਕਾਫ਼ੀ ਸਮੇਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ। ਅਜਿਹੇ ’ਚ ਕਈ ਸਰਕਾਰੀ ਕੰਮ ਰੁਕੇ ਹੋਏ ਹਨ ਤੇ ਫ਼ਾਈਲਾਂ ’ਤੇ ਦਸਤਖ਼ਤ ਨਹੀਂ ਹੋ ਰਹੇ ਹਨ। ਇਸ ਪੱਤਰ ’ਤੇ  ਦਿੱਲੀ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਵਿਜੇਂਦਰ ਗੁਪਤਾ ਸਮੇਤ 7 ਹੋਰ ਵਿਧਾਇਕਾਂ ਅਤੇ ਇਕ ਸਾਬਕਾ ਵਿਧਾਇਕ ਨੇ ਦਸਤਖ਼ਤ ਵੀ ਕੀਤੇ ਹਨ। ਮਾਰਚ ਮਹੀਨੇ ’ਚ ਹੋਈ ਗਿ੍ਰਫ਼ਤਾਰੀ ਤੋਂ ਬਾਅਦ ਕੇਜਰੀਵਾਲ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ। ਜਦਕਿ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦਾ ਮਾਮਲਾ ਦੋ ਵਾਰ ਕੋਰਟ ਵੀ ਪਹੁੰਚਿਆ ਸੀ ਪਰ ਦਿੱਲੀ ਹਾਈ ਕੋਰਟ ਨੇ ਦੋਵੇਂ ਵਾਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। 

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.