Monday, 22 June 2026

ਬਲਵੰਤ ਸਿੰਘ ਮੁਲਤਾਨੀ ਹੱਤਿਆ ਮਾਮਲੇ ’ਚ ਪਾਈ ਪਟੀਸ਼ਨ ਕੀਤੀ ਖਾਰਜ

ਚੰਡੀਗੜ੍ਹ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ 1991 ’ਚ ਪੰਜਾਬ ਦੇ ਕਾਲੇ ਦੌਰ ਸਮੇਂ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਹੱਤਿਆ ਮਾਮਲੇ ਦੀ ਐਫਆਈਆਰ ਨੂੰ ਰੱਦ ਕਰਨ ਲਈ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਪਾਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈਕੋਰਟ ਨੇ ਵੀ ਸੁਮੇਧ ਸੈਣੀ ਖਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਦੇ ਚਲਦਿਆਂ ਸੈਣੀ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਸੁਮੇਧ ਸੈਣੀ ਅਤੇ 6 ਹੋਰਨਾਂ ਖਿਲਾਫ਼ 1991 ’ਚ ਬਲਵੰਤ ਸਿੰਘ ਮੁਲਤਾਨੀ ਨੂੰ ਕਥਿਤ ਤੌਰ ’ਤੇ ਅਗਵਾ ਕਰਨ ਲਈ 6 ਮਈ 2020 ਨੂੰ ਮੋਹਾਲੀ ਦੇ ਮਟੌਰ ਪੁਲਿਸ ਥਾਣੇ ’ਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਦੋ ਪੁਲਿਸ ਕਰਮਚਾਰੀਆਂ ਦੇ ਸਰਕਾਰੀ ਗਵਾਹ ਬਣਨ ਤੋਂ ਬਾਅਦ ਸੈਣੀ ’ਤੇ ਹੱਤਿਆ ਦਾ ਆਰੋਪ ਅਗਸਤ 2020 ’ਚ ਲਗਾਇਆ ਗਿਆ ਸੀ। ਧਿਆਨ ਰਹੇ ਕਿ ਬਲਵੰਤ ਸਿੰਘ ਮੁਲਤਾਨੀ ਚੰਡੀਗੜ੍ਹ ਦੇ ਇੰਡਸਟਰੀਅਲ ਅਤੇ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ’ਚ ਕੰਮ ਕਰਦੇ ਸਨ ਅਤੇ ਸੈਣੀ ਉਸ ਸਮੇਂ ਚੰਡੀਗੜ੍ਹ ਦੇ ਐਸਐਸਪੀ ਸਨ।

ਕਿਹਾ : ਧਰਮਾਂ ਪ੍ਰਤੀ ਗਲਤ ਸੋਚ ਰੱਖਣ ਵਾਲਾ ਵਿਅਕਤੀ ਕਿਸੇ ਵੀ ਧਰਮ ਦਾ ਪੈਰੋਕਾਰ ਨਹੀਂ ਹੋ ਸਕਦਾ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੁਨੀਆ ਭਰ ’ਚ ਵਸਦੇ ਸਿੱਖਾਂ ਨੂੰ ਸ਼ੋਸ਼ਲ ਮੀਡੀਆ ’ਤੇ ਧਰਮਾਂ ਪ੍ਰਤੀ ਟਿਕ-ਟੌਕ ਰਾਹੀਂ ਫੈਲਾਏ ਜਾ ਰਹੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ  ਸੋਸ਼ਲ ਮੀਡੀਆ ’ਤੇ ਸਿੱਖ ਅਤੇ ਮੁਸਲਮਾਨਾਂ ਦੇ ਨਾਵਾਂ ਵਾਲੇ ਅਕਾਊਂਟ ਬਣਾ ਕੇ ਸਿੱਖ ਅਤੇ ਮੁਸਲਮਾਨਾਂ ਵਿਚਾਲੇ ਟਕਰਾਅ ਪੈਦਾ ਕਰਨ ਦੇ ਰੁਝਾਨ ਨੂੰ ਬੇਹੱਦ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਧਰਮਾਂ ਪ੍ਰਤੀ ਗਲਤ ਸੋਚ ਰੱਖਣ ਵਾਲਾ ਕੋਈ ਵੀ ਵਿਅਕਤੀ ਕਿਸੇ ਵੀ ਧਰਮ ਦਾ ਪੈਰੋਕਾਰ ਨਹੀਂ ਸੋ ਸਕਦਾ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਉਨ੍ਹਾਂ ਕੋਲ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ ਕਿ ਵਿਦੇਸ਼ਾਂ ਵਿਚ ਕੁਝ ਸਿੱਖਾਂ ਦੇ ਨਾਵਾਂ ਅਤੇ ਤਸਵੀਰਾਂ ਵਾਲੇ ਅਕਾਊਂਟ ਬਣਾ ਕੇ ਇਸਲਾਮ ਧਰਮ ਦੇ ਖ਼ਿਲਾਫ਼ ਅਤੇ ਕੁਝ ਮੁਸਲਮਾਨਾਂ ਦੇ ਨਾਵਾਂ ਵਾਲੇ ਅਕਾਊਂਟਾਂ ਤੋਂ ਸਿੱਖ ਧਰਮ ਦੇ ਖ਼ਿਲਾਫ਼  ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਸੱਚਾ ਮੁਸਲਮਾਨ ਅਤੇ ਸੱਚਾ ਸਿੱਖ ਅਜਿਹਾ ਕਦੇ ਵੀ ਨਹੀਂ ਕਰ ਸਕਦਾ।

ਸੁਪਰੀਮ ਕੋਰਟ ਕਰੇਗਾ ਰਣਜੀਤ ਸਿੰਘ ਕਤਲਕਾਂਡ ਮਾਮਲੇ ’ਚ ਹਾਈਕੋਰਟ ਵੱਲੋਂ ਬਰੀ ਕੀਤੇ ਜਾਣ ਵਾਲੇ ਹੁਕਮਾਂ ਦੀ ਜਾਂਚ

ਚੰਡੀਗੜ੍ਹ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਰਣਜੀਤ ਸਿੰਘ ਕਤਲਕਾਂਡ ਮਾਮਲੇ ’ਚ ਬਰੀ ਕੀਤੇ ਜਾਣ ਵਾਲੇ ਮਾਮਲੇ ’ਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੀ ਸਾਲ 2002 ’ਚ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ’ਚ ਸੀਬੀਆਈ ਕੋਰਟ ਨੇ ਡੇਰਾ ਮੁਖੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪਰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਸੇ ਸਾਲ 28 ਮਈ ਨੂੰ ਇਸ ਮਾਮਲੇ ’ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ 4 ਹੋਰਨਾਂ ਨੂੰ ਬਰੀ ਕਰ ਦਿੱਤਾ ਸੀ। ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਇਸ ਮਾਮਲੇ ਦੀ ਜਾਂਚ ਕਰਨ ਲਈ ਸਹਿਮਤ ਹੋ ਗਈ ਹੈ। ਸੁਪਰੀਮ ਕੋਰਟ ਵੱਲੋਂ ਰਾਮ ਰਹੀਮ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ’ਚ ਜਵਾਬ ਮੰਗਿਆ ਗਿਆ ਹੈ।

ਮੇਜ਼ਬਾਨ ਚੀਨ ਦੀ ਟੀਮ ਨੂੰ 3-0 ਗੋਲਾਂ ਨਾਲ ਹਰਾਇਆ

ਹੁਲੁਨਬੂਈਰ/ਬਿਊਰੋ ਨਿਊਜ਼ : ਭਾਰਤ ਹਾਕੀ ਟੀਮ ਨੇ ਅੱਜ ਇੱਥੇ ਮੇਜ਼ਬਾਨ ਚੀਨ ਨੂੰ 3-0 ਨਾਲ ਹਰਾ ਕੇ ਏਸ਼ਿਆਈ ਚੈਂਪੀਅਨਜ਼ ਟਰਾਫ਼ੀ ’ਚ ਮੁਹਿੰਮ ਦਾ ਜਿੱਤ ਨਾਲ ਆਗਾਜ਼ ਕੀਤਾ ਹੈ। ਮੌਜੂਦਾ ਚੈਂਪੀਅਨ ਭਾਰਤੀ ਟੀਮ ਵੱਲੋਂ ਸੁਖਜੀਤ ਸਿੰਘ, ਉੱਤਮ ਸਿੰਘ ਅਤੇ ਅਭਿਸ਼ੇਕ ਨੇ ਇੱਕ ਗੋਲ ਦਾਗਿਆ। ਉਨ੍ਹਾਂ ਇਹ ਗੋਲ ਕ੍ਰਮਵਾਰ 14ਵੇਂ, 27ਵੇਂ ਅਤੇ 32ਵੇਂ ਮਿੰਟ ’ਚ ਕੀਤੇ। ਪੂਲ ਬੀ ਵਿੱਚ ਭਾਰਤ ਦਾ ਅਗਲਾ ਮੁਕਾਬਲਾ ਜਪਾਨ ਦੀ ਟੀਮ ਨਾਲ ਸੋਮਵਾਰ ਨੂੰ ਹੋਵੇਗਾ। ਇਸੇ ਦੌਰਾਨ ਟੂਰਨਾਮੈਂਟ ’ਚ ਮਲੇਸ਼ੀਆ ਤੇ ਪਾਕਿਸਤਾਨ ਵਿਚਾਲੇ ਮੈਚ 2-2 ਗੋਲਾਂ ਨਾਲ ਜਦਕਿ ਜਪਾਨ ਤੇ ਕੋਰੀਆ ਦਾ ਮੈਚ 5-5 ਗੋਲਾਂ ਨਾਲ ਬਰਾਬਰੀ ’ਤੇ ਖਤਮ ਹੋਇਆ। ਟੂਰਨਾਮੈਂਟ ਦੇ ਸੈਮੀਫਾਈਨਲ 16 ਸਤੰਬਰ ਨੂੰ ਹੋਣਗੇ ਜਦਕਿ ਫਾਈਨਲ 17 ਸਤੰਬਰ ਨੂੰ ਖੇਡਿਆ ਜਾਵੇਗਾ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.