Monday, 22 June 2026

ਅਕਾਲੀ ਸਰਕਾਰ ਦੇ ਮੰਤਰੀਆਂ ਕੋਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੰਗਿਆ ਸੀ ਸਪੱਸ਼ਟੀਕਰਨ

ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪੱਸ਼ਟੀਕਰਨ ਸੌਂਪਿਆ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਦੇ ਸਮੇਂ ਮੰਤਰੀ ਰਹੇ ਸਾਰੇ ਆਗੂਆਂ ਕੋਲੋਂ ਸਪੱਸ਼ਟੀਕਰਨ ਮੰਗਿਆ ਸੀ। ਜਿਸ ਦੇ ਚਲਦਿਆਂ ਅੱਜ ਬਿਕਰਮ ਮਜੀਠੀਆ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਚ ਆਪਣਾ ਲਿਖਤੀ ਸਪੱਸ਼ਟੀਕਰਨ ਦੇਣ ਲਈ ਪਹੁੰਚੇ ਸਨ। ਧਿਆਨ ਰਹੇ ਕਿ ਲੰਘੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਸੀ ਅਤੇ ਬਾਕੀ ਆਗੂਆਂ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ।

 

ਮਾਵਾਂ ਵੱਲੋਂ ਡੋਨੇਟ ਕੀਤਾ ਜਾਣ ਵਾਲਾ ਦੁੱਧ ਨਵਜਨਮੇ ਬੱਚਿਆਂ ਲਈ ਬਣਿਆ ਵਰਦਾਨ

ਮੋਹਾਲੀ/ਬਿਊਰੋ ਨਿਊਜ਼ : ਮੋਹਾਲੀ ਦੇ ਡਾ. ਬੀਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ’ਚ ਸਥਾਪਿਤ ਕੀਤੇ ਗਏ ਮਦਰ ਮਿਲਕ ਬੈਂਕ ਨੇ ਸਫਲਤਾਪੂਰਵਕ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਬੈਂਕ ਦਾ ਉਦੇਸ਼ ਨਵਜਨਮੇ ਬੱਚਿਆਂ ਨੂੰ ਜ਼ਰੂਰੀ ਮਾਤਰਾ ’ਚ ਦੁੱਧ ਪ੍ਰਦਾਨ ਕਰਨਾ ਹੈ। ਇਹ ਮਦਰ ਮਿਲਕ ਬੈਂਕ ਉਨ੍ਹਾਂ ਬੱਚਿਆਂ ਦੇ ਲਈ ਜਿਨ੍ਹਾਂ ਦੀਆਂ ਮਾਵਾਂ ਕਿਸੇ ਕਾਰਨ ਕਰਕੇ ਆਪਣੇ ਬੱਚਿਆਂ ਨੂੰ ਦੁੱਧ ਨਹੀਂ ਪਿਲਾ ਸਕਦੀਆਂ। ਇੰਸਟੀਚਿਊਟ ਦੀ ਪਿ੍ਰੰਸੀਪਲ ਡਾਇਰੈਕਟਰ ਭਾਰਤੀ ਅਨੁਸਾਰ ਮਦਰ ਮਿਲਕ ਬੈਂਕ ਨੂੰ ਫਰੈਂਡਲੀ ਬਣਾਉਣ ਦਾ ਵੀ ਪੂਰਾ ਯਤਨ ਕੀਤਾ ਗਿਆ। ਇਥੇ ਮਦਰ ਅਤੇ ਚਾਈਲਡ ਕੇਅਰ ਯੂਨਿਟ ’ਚ ਬੱਚਿਆਂ ਦੇ ਇਲਾਜ ਦੇ ਲਈ ਵੀ ਹਰ ਸੰਭਵ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਦਰ ਮਿਲਕ ਬੈਂਕ ਨੂੰ ਵਧੀਆ ਹੁੰਗਾਰਾ ਮਿਲ ਰਿਹਾ ਹੈ ਅਤੇ ਹਰ ਮਹੀਨੇ 50 ਤੋਂ 60 ਮਹਿਲਾਵਾਂ ਇਥੇ ਦੁੱਧ ਡੋਨੇਟ ਕਰ ਰਹੀਆਂ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 3 ਤੋਂ 4 ਬੱਚਿਆਂ ਨੂੰ ਹਰ ਰੋਜ਼ ਦੁੱਧ ਦੀ ਜਰੂਰਤ ਪੈਂਦੀ ਅਤੇ ਮਦਰ ਮਿਲਕ ਬੈਂਕ ਇਨ੍ਹਾਂ ਬੱਚਿਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ।

 

ਪੰਜਾਬ ਗੁਡਜ਼ ਐਂਡ ਸਰਵਿਸ ਟੈਕਸ ਅਤੇ ਪੰਚਾਇਤੀ ਰਾਜ ਸੋਧ ਬਿਲ ਸਮੇਤ ਕੁੱਲ ਚਾਰ ਬਿਲ ਹੋਏ ਪਾਸ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅੱਜ ਮੌਨਸੂਨ ਸੈਸ਼ਨ ਦੇ ਆਖਰੀ ਦਿਨ ਤੋਂ ਬਾਅਦ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਤਿੰਨ ਚੱਲੇ ਇਜਲਾਸ ਦੌਰਾਨ ਕੁੱਲ 4 ਬਿਲ ਪੇਸ਼ ਕੀਤੇ ਗਏ ਜਿਨ੍ਹਾਂ ਨੂੰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਪੰਜਾਬ ਗੁਡਜ਼ ਐਂਡ ਸਰਵਿਸ ਟੈਕਸ ਸੋਧ ਬਿਲ 2024 ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ। ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿਲ 2024 ਨੂੰ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਪੇਸ਼ ਕੀਤਾ। ਜਦਕਿ ਪੰਜਾਬ ਪੰਚਾਇਤੀ ਰਾਜ ਸੋਧ ਬਿਲ 2024 ਨੂੰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੇਸ਼ ਕੀਤਾ ਅਤੇ ਪੰਜਾਬ ਐਗਰੀਕਲਚਰ ਪ੍ਰੋਡਿਊਸ ਮਾਰਕੀਟ ਸੋਧ ਬਿਲ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਵੱਲੋਂ ਪੇਸ਼ ਕੀਤਾ ਗਿਆ। ਇਸ ਬਿਲ ਅਨੁਸਾਰ 94 ਮਾਰਕੀਟ ਕਮੇਟੀਆਂ ਦੀ ਮਿਆਦ ਵਧਾਈ ਜਾਵੇਗੀ ਅਤੇ ਇਸ ਬਿਲ ਨੂੰ ਵੀ ਸਦਨ ਅੰਦਰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਵਿਨੇਸ਼ ਅਤੇ ਬਜਰੰਗ ਲੜ ਸਕਦੇ ਹਨ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਨਵੀਂ ਦਿੱਲੀ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨਾਲ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦੀ ਲੰਬੀ ਗੱਲਬਾਤ ਹੋਈ। ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਕਾਂਗਰਸ ਪਾਰਟੀ ਦੀ ਟਿਕਟ ’ਤੇ  ਹਰਿਆਣਾ ਵਿਧਾਨ ਸਭਾ ਚੋਣਾਂ ’ਚ ਲੜ ਸਕਦੇ ਹਨ। ਜਦਕਿ ਹਰਿਆਣਾ ਕਾਂਗਰਸ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਨੂੰ ਪਹਿਲਾਂ ਹੀ ਚੋਣ ਲੜਨ ਦੀ ਆਫਰ ਦੇ ਚੁੱਕੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਨੇ ਦੋਵੇਂ ਪਹਿਲਵਾਨਾਂ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਉਤਾਰਨ ਦਾ ਮਨ ਬਣਾ ਲਿਆ ਅਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਵੱਲੋਂ ਟਿਕਟ ਦਿੱਤੀ ਜਾ ਸਕਦੀ ਹੈ।  ਜ਼ਿਕਰਯੋਗ ਹੈ ਕਿ ਵਿਨੇਸ਼ ਫੋਗਾਟ ਨੂੰ ਪੈਰਿਸ ਉਲੰਪਿਕ ਵਿਚ ਕੁਸ਼ਤੀ ਦਾ ਫਾਈਨਲ ਮੁਕਾਬਲੇ ਤੋਂ ਪਹਿਲਾਂ ਵਜਨ ਵਧਣ ਕਾਰਨ ਕੁਸ਼ਤੀ ਲੜਨ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ ਅਤੇ ਉਸ ਦਾ ਮੈਡਲ ਜਿੱਤਣ ਦਾ ਸੁਪਨਾ ਅਧੂਰਾ ਹੀ ਰਹਿ ਗਿਆ ਸੀ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.