Monday, 22 June 2026

 

ਐਸਡੀਐਮ ਫਰੀਦਕੋਟ ਨੇ ਦੋ ਕਿਸਾਨ ਆਗੂਆਂ ਖਿਲਾਫ ਗਿ੍ਰਫ਼ਤਾਰੀ ਵਰੰਟ ਕੀਤੇ ਜਾਰੀ

ਫਰੀਦਕੋਟ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ 2024 ਦੌਰਾਨ ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨ ਆਗੂਆਂ ਨੂੰ ਗਿ੍ਰਫ਼ਤਾਰ ਕੀਤਾ ਜਾਵੇਗਾ। ਫਰੀਦਕੋਟ ਦੇ ਐਸਡੀਐਮ ਵੱਲੋਂ ਦੋ ਕਿਸਾਨ ਆਗੂਆਂ ਰਜਿੰਦਰ ਸਿੰਘ ਪਾਲਾ ਅਤੇ ਨੌਨਿਹਾਲ ਸਿੰਘ ਖਿਲਾਫ਼ ਗਿ੍ਰਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਐਸਡੀਐਮ ਨੇ ਇਨ੍ਹਾਂ ਦੋਵੇਂ ਆਗੂਆਂ ਨੂੰ ਗਿ੍ਰਫ਼ਤਾਰ ਕਰਕੇ ਭਲਕੇ ਬੁੱਧਵਾਰ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਨ੍ਹਾਂ ਆਗੂਆਂ ਵੱਲੋਂ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕੀਤਾ ਗਿਆ ਸੀ ਅਤੇ ਉਸੇ ਮਾਮਲੇ ਵਿਚ ਇਨ੍ਹਾਂ ਖਿਲਾਫ਼ ਗਿ੍ਰਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਉਧਰ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਜਾਣ ਬੁੱਝ ਕੇ ਪ੍ਰੇਸ਼ਾਨ ਕੀਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਐਸਡੀਐਮ ਵੱਲੋਂ ਜਾਰੀ ਕੀਤੇ ਗਏ ਵਾਰੰਟਾਂ ਦੇ ਆਧਾਰ ’ਤੇ ਨਾ ਤਾਂ ਅਦਾਲਤ ਵਿਚ ਪੇਸ਼ ਹੋਣਗੇ ਅਤੇ ਨਾ ਹੀ ਉਹ ਗਿ੍ਰਫ਼ਤਾਰੀ ਦੇਣਗੇ।

 

ਪਾਇਲਟਾਂ ਦੀ ਸਮਝਦਾਰੀ ਕਾਰਨ ਵੱਡਾ ਹਾਦਸਾ ਹੋਣ ਤੋਂ ਟਲਿਆ

ਬਾੜਮੇਰ/ਬਿਊਰੋ ਨਿਊਜ਼ : ਰਾਜਸਥਾਨ ਦੇ ਬਾੜਮੇਰ ’ਚ ਪੈਂਦੇ ਉਤਰਲਾਈ ਏਅਰਬੇਸ ਕੋਲ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਮਿਗ-29 ਕਰੈਸ਼ ਹੋ ਗਿਆ। ਪਾਇਲਟਾਂ ਨੇ ਸਮਝਦਾਰੀ ਦਿਖਾਉਂਦੇ ਹੋਏ ਜਹਾਜ਼ ਨੂੰ ਅਬਾਦੀ ਵਾਲੇ ਖੇਤਰ ਤੋਂ ਦੂਰ ਰੇਤ ਦੇ ਟਿੱਬਿਆਂ ਵੱਲ ਮੋੜ ਦਿੱਤਾ ਅਤੇ ਆਪ ਪੈਰਾਸ਼ੂਟ ਦੀ ਮਦਦ ਨਾਲ ਬਾਹਰ ਕੁੱਦ ਗਏ, ਜਿਸ ਤੋਂ ਬਾਅਦ ਜਹਾਜ਼ ਰੇਤ ਦੇ ਟਿੱਬਿਆਂ ’ਤੇ ਜਾ ਡਿੱਗਿਆ। ਭਾਰਤੀ ਹਵਾਈ ਫੌਜ ਦੇ ਅਧਿਕਾਰੀਆਂ ਨੇ ਸ਼ੋਸ਼ਲ ਮੀਡੀਆ ’ਤੇ ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾੜਮੇਰ ਸੈਕਟਰ ’ਚ ਚੱਲ ਰਹੇ ਰੈਗੂਲਰ ਰਾਤ ਦੇ ਮਿਸ਼ਨ ਦੌਰਾਨ ਮਿਗ-29 ’ਚ ਤਕਨੀਕੀ ਖਰਾਬੀ ਆ ਗਈ ਸੀ, ਜਿਸ ਦੇ ਚਲਦਿਆਂ ਇਹ ਹਾਦਸਾ ਵਾਪਰਿਆ ਹੈ। ਹਵਾਈ ਫੌਜ ਵੱਲੋਂ ਪੁਸ਼ਟੀ ਕੀਤੀ ਗਈ ਹੈ ਕਿ ਦੋਵੇਂ ਪਾਇਲਟ ਵੀ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਇਸ ਘਟਨਾ ਦੌਰਾਨ ਕੋਈ ਵੀ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੋਰਟ ਆਫ਼ ਇਨਕੁਆਰੀ ਨੇ ਜਾਂਚ ਦੇ ਹੁਕਮ ਦੇ ਦਿੱਤੇ ਹਨ।

 

ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਰਹੇ ਮੌਜੂਦ

ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜ ਸਿੰਘ ਸਾਹਿਬਾਨਾਂ ਵੱਲੋਂ ਤਨਖ਼ਾਹੀਏ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣਾ ਮੁਆਫ਼ੀਨਾਮਾ ਲੈ ਕੇ ਅਚਾਨਕ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਹਨ। ਇਸ ਤੋਂ ਇਲਾਵਾ ਅੱਜ ਅਕਾਲੀ ਸਰਕਾਰ ਸਮੇਂ ਕੈਬਨਿਟ ਮੰਤਰੀ ਰਹੇ ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ ਅਤੇ ਸ਼ਰਨਜੀਤ ਸਿੰਘ ਢਿੱਲੋ ਵੀ ਆਪਣੇ ਸਪੱਸ਼ਟੀਕਰਨ ਲੈ ਕੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸਿੰਘ ਸਾਹਿਬਾਨ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਉਦੋਂ ਤੱਕ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ, ਜਦੋਂ ਤੱਕ ਉਹ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਤੇ ਸੰਗਤਾਂ ਕੋਲ ਆਪਣੇ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗਦੇ ਪਰ ਸੁਖਬੀਰ ਸਿੰਘ ਬਾਦਲ ਅੱਜ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਪੱਸ਼ਟੀਕਰਨ ਲੈ ਕੇ ਪੁੱਜ ਗਏ ਹਨ। ਸਮਝਿਆ ਜਾਂਦਾ ਹੈ ਕਿ ਉਹ ਅਕਾਲੀ ਸਰਕਾਰ ਸਮੇਂ ਕੈਬਨਿਟ ਮੰਤਰੀ ਰਹੇ ਹੋਣ ਕਾਰਨ ਆਪਣਾ ਸਪੱਸ਼ਟੀਕਰਨ ਦੇਣ ਲਈ ਪੁਜੇ ਹਨ।   

  

ਦੋਵੇਂ ਆਗੂਆਂ ਨੇ ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਇਲਾਹੀ ਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਜ਼ਿਕਰਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਪੰਜਾਬ ਦੇ ਰਾਜਪਾਲ ਬਣਨ ਮਗਰੋਂ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਮੈਂ ਅਕਸਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਬਾਰੇ ਸੋਚਦਾ ਸੀ ਅਤੇ ਵਾਹਿਗੁਰੂ ਦੀ ਕਿਰਪਾ ਨਾਲ ਅੱਜ ਮੈਨੂੰ ਇਥੇ ਆਉਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਇਥੇ ਰਾਜਪਾਲ ਦੀ ਹੈਸੀਅਤ ਨਾਲ ਨਹੀਂ ਬਲਕਿ ਇਕ ਸੇਵਕ ਬਣ ਆਇਆ ਹਾਂ ਅਤੇ ਮੈਂ ਪੰਜਾਬ ਦੀ ਤਰੱਕੀ ਲਈ ਕੰਮ ਕਰਾਂਗਾ। ਉਨ੍ਹਾਂ ਕਿਹਾ ਕਿ ਮੈਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਆਪਣੇ ਕੰਮ ਵਿਚ ਸਫ਼ਲ ਹੋਵਾਂ ਅਤੇ ਦੇਸ਼ ’ਚ ਅਮਨ ਕਾਨੂੰਨ ਦੀ ਸਥਿਤੀ ਬਣੀ ਰਹੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਲਾਬ ਚੰਦ ਕਟਾਰੀਆ ਪੰਜਾਬ ਦੇ ਨਵੇਂ ਰਾਜਪਾਲ ਬਣੇ ਹਨ। ਇਸ ਲਈ ਉਹ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ ਅਤੇ ਮੁੱਖ ਮੰਤਰੀ ਨੇ ਰਾਜਨੀਤਿਕ ਗੱਲ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ।

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.