Tuesday, 23 June 2026

ਕਿਹਾ : ਕੁੱਝ ਲੋਕ ਸਾਡੇ ਆਪਸੀ ਭਾਈਚਾਰੇ ਨੂੰ ਕਰਨਾ ਚਾਹੁੰਦੇ ਹਨ ਖਤਮ

ਨਵੀਂ ਦਿੱਲੀ/ਬਿਊਰੋ ਨਿਊਜ਼ : ਅਜ਼ਾਦੀ ਦਿਹਾੜੇ ਮੌਕੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਵੱਲੋਂ ਪਾਰਟੀ ਦਫ਼ਤਰ ’ਚ ਕੌਮੀ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੁੱਝ ਤਾਕਤਾਂ ਜਬਰਦਸਤੀ ਆਪਣੇ ਵਿਚਾਰ ਸਾਡੇ ’ਤੇ ਥੋਪ ਕੇ ਸਾਡੇ ਆਪਸੀ ਭਾਈਚਾਰੇ ਨੂੰ ਖਤਮ ਕਰਨਾ ਚਾਹੁੰਦੇ ਹਨ। ਮਲਿਕਾ ਅਰਜੁਨ ਖੜਗੇ ਨੇ ਅੱਗੇ ਕਿਹਾ ਕਿ ਸਾਨੂੰ ਆਪਣੇ ਸੰਵਿਧਾਨ ਦੀ ਰੱਖਿਆ ਕਰਨ ਲਈ ਬਲੀਦਾਨ ਦੇਣ ਦੇ ਲਈ ਹਮੇਸ਼ਾ ਤਿਆਰ ਰਹਿਣਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਚਿੰਤਾ ਵਾਲੀ ਗੱਲ ਕਿ ਸੰਵਿਧਾਨਕ ਅਤੇ ਖੁਦਮੁਖਤਿਆਰ ਸੰਸਥਾਵਾਂ ਨੂੰ ਭਾਜਪਾ ਸਰਕਾਰ ਕਠਪੁਤਲੀਆਂ ਬਣਾ ਕੇ ਰੱਖ ਦਿੱਤਾ। ਲੋਕਤੰਤਰ ਅਤੇ ਸੰਵਿਧਾਨ 140 ਕਰੋੜ ਭਾਰਤੀਆਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਸਾਨੂੰ ਆਪਣੇ ਆਖਰੀ ਸਾਹ ਤੱਕ ਲੋਕਤੰਤਰ ਦੀ ਰੱਖਿਆ ਕਰਨੀ ਹੋਵੇਗੀ। ਇਸ ਮੌਕੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਵੀ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਸੁਨੀਤਾ ਕੇਜਰੀਵਾਲ ਨੇ ਸ਼ੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਪ੍ਰਗਟਾਇਆ ਅਫ਼ਸੋਸ

ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਭਰ ’ਚ ਅੱਜ ਜੋਸ਼ੋ-ਖਰੋਸ਼ ਨਾਲ 78ਵਾਂ ਅਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਲੋਕਾਂ ਵੱਲੋਂ ਆਪਣੇ-ਆਪਣੇ ਘਰਾਂ ’ਤੇ ਤਿਰੰਗਾ ਲਹਿਰਾਇਆ ਗਿਆ। ਪਰ ਇਸ ਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਤਿਰੰਗ ਨਹੀਂ ਲਹਿਰਾਇਆ ਗਿਆ। ਜਿਸ ’ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅਫ਼ਸੋਸ ਪ੍ਰਗਟਾਉਂਦੇ ਹੋਏ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ਅੱਜ ਸੀਐਮ ਦੀ ਰਿਹਾਇਸ਼ ’ਤੇ ਤਿਰੰਗਾ ਨਹੀਂ ਲਹਿਰਾਇਆ, ਜਿਸ ਦਾ ਮੈਨੂੰ ਬਹੁਤ ਅਫ਼ਸੋਸ ਹੈ। ਉਨ੍ਹਾਂ ਅੱਗੇ ਲਿਖਿਆ ਕਿ ਇਹ ਤਾਨਾਸ਼ਾਹੀ ਇਕ ਚੁਣੇ ਹੋਏ ਮੁੱਖ ਮੰਤਰੀ ਨੂੰ ਜੇਲ੍ਹ ’ਚ ਤਾਂ ਰੱਖ ਸਕਦੀ ਹੈ ਪਰ ਦਿਲ ’ਚ ਵਸਦੇ ਦੇਸ਼ ਪ੍ਰੇਮ ਨੂੰ ਕਿਵੇਂ ਰੋਕੇਗੀ। ਉਥੇ ਹੀ ਕੈਬਨਿਟ ਮੰਤਰੀ ਆਤਿਸ਼ੀ ਨੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ਅੰਗਰੇਜ਼ਾਂ ਤੋਂ ਆਜ਼ਾਦੀ ਲੈਣ ਲਈ ਸੈਂਕੜੇ ਅਜ਼ਾਦੀ ਘੁਲਾਟੀਆਂ ਨੇ ਆਪਣੀ ਜਾਨ ਦੀ ਕੁਰਬਾਨੀ ਦੇ ਕੇ ਸਾਨੂੰ ਅਜ਼ਾਦੀ ਦਿਵਾਈ। ਉਨ੍ਹਾਂ ਸੁਪਨੇ ’ਚ ਵੀ ਅਜਿਹਾ ਨਹੀਂ ਸੋਚਿਆ ਹੋਵੇਗਾ ਕਿ ਅਜ਼ਾਦ ਭਾਰਤ ’ਚ ਇਕ ਚੁਣੇ ਹੋਏ ਮੁੱਖ ਮੰਤਰੀ ਨੂੰ ਝੂਠੇ ਮੁਕੱਦਮੇ ’ਚ ਫਸਾ ਕੇ ਜੇਲ੍ਹ ’ਚ ਡੱਕ ਦਿੱਤਾ ਜਾਵੇਗਾ।

ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਬੁਲਾਉਣ ਸਬੰਧੀ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਮੌਨਸੂਨ ਸ਼ੈਸਨ 2 ਸਤੰਬਰ ਤੋਂ ਸ਼ੁਰੂ ਹੋ ਕੇ 4 ਸਤੰਬਰ ਤੱਕ ਚੱਲੇਗਾ। ਉਥੇ ਹੀ ਅੱਜ ਦੀ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਫਾਇਰ ਸੇਫਟੀ ਨਿਯਮਾਂ ’ਚ ਸੋਧ ਨੂੰ ਵੀ ਮਨਜ਼ੂਰੀ ਦਿੱਤੀ ਗਈ। ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਫੈਸਲਾ ਕੀਤਾ ਕਿ 31 ਜੁਲਾਈ 2024 ਤੱਕ ਜਿਨ੍ਹਾਂ ਲੋਕਾਂ ਦੇ ਜ਼ਮੀਨਾਂ ਦੇ ਬਿਆਨੇ ਜਾਂ ਰਜਿਸਟਰੀਆਂ ਹੋਈਆਂ ਹਨ ਉਨ੍ਹਾਂ ਹੁਣ ਐਨਓਸੀ ਲੈਣ ਦੀ ਲੋੜ ਨਹੀਂ ਹੋਵੇਗੀ। ਜਿਨ੍ਹਾਂ ਲੋਕਾਂ ਦਾ 31 ਜੁਲਾਈ 2024 ਤੱਕ ਸਿਰਫ਼ ਬਿਆਨਾ ਹੋਇਆ ਹੈ ਉਨ੍ਹਾਂ ਨੂੰ ਰਜਿਸਟਰੀ ਕਰਵਾਉਣ ਲਈ 2 ਨਵੰਬਰ ਤੱਕ ਦਾ ਸਮਾਂ ਦਿੱਤਾ ਜਾਵੇਗਾ ਪਰ ਉਸ ਤੋਂ ਲੇਟ ਹੋਣ ’ਤੇ ਐਨਓਸੀ ਲੈਣੀ ਲਾਜ਼ਮੀ ਹੋਵੇਗੀ।

ਪਿਤਾ ਤਰਸੇਮ ਸਿੰਘ ਨੇ ਸਿੱਖ ਸੰਗਤਾਂ ਨੂੰ ਵੱਧ ਤੋਂ ਵੱਧ ਸ਼੍ਰੋਮਣੀ ਕਮੇਟੀ ਲਈ ਵੋਟਾਂ ਬਣਵਾਉਣ ਦੀ ਕੀਤੀ ਅਪੀਲ

ਲੁਧਿਆਣਾ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜੇਲ੍ਹ ਅੰਦਰੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਜਿੱਤ ਪ੍ਰਾਪਤ ਕਰਨ ਵਾਲੇ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਨਜ਼ਰ ਹੁਣ ਸ਼ੋ੍ਰਮਣੀ ਕਮੇਟੀ ਚੋਣਾਂ ’ਤੇ ਹੈ। ਇਸ ਸਬੰਧੀ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਵੱਲੋਂ ਲੁਧਿਆਣਾ ਵਿਖੇ ਸਿੱਖ ਬੁੱਧੀਜੀਵੀਆਂ ਨਾਲ ਅੱਜ ਇਕ ਮੀਟਿੰਗ ਕੀਤੀ ਗਈ। ਇਸ ਮੌਕੇ ਤਰਸੇਮ ਸਿੰਘ ਨੇ ਸਿੱਖ ਸੰਗਤਾਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਵਾਉਣ ਦੀ ਅਪੀਲ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮੁੱਦਾ ਬੰਦੀ ਸਿੰਘ ਨੂੰ ਰਿਹਾਅ ਕਰਵਾਉਣ ਦਾ ਅਤੇ ਬੇਅਦਬੀ ਮਾਮਲਿਆਂ ’ਚ ਸਿੱਖ ਸੰਗਤਾਂ ਨੂੰ ਇਨਸਾਫ਼ ਦਿਵਾਉਣ ਦਾ ਹੈ। ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਪੈਰੋਲ ਦਿੱਤੀ ਜਾਂਦੀ। ਜਦਕਿ ਡੇਰਾ ਸਿਰਸਾ ਮੁਖੀ ਨੂੰ ਹਰ ਦੋ ਮਹੀਨੇ ਮਗਰੋਂ ਪੈਰੋਲ ਦਿੱਤੀ ਜਾ ਰਹੀ ਹੈ। ਇਸ ਤਰ੍ਹਾਂ ਕਰਕੇ ਕੇਂਦਰ ਸਰਕਾਰ ਵੱਲੋਂ ਇਕ ਹੀ ਦੇਸ਼ ’ਚ ਦੋ ਤਰ੍ਹਾਂ ਦੇ ਕਾਨੂੰਨ ਚਲਾਏ ਜਾ ਰਹੇ ਹਨ।

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.