Tuesday, 23 June 2026

ਕਿਹਾ : ਰਾਖਵੇਂਕਰਨ ’ਚ ਸਬ ਕੈਟਾਗਿਰੀ ਬਣਾ ਸਕਦੀ ਹੈ ਸੂਬਾ ਸਰਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਵੀਰਵਾਰ ਨੂੰ ਐਸਸੀ-ਐਸਟੀ ਰਾਖਵੇਂਕਰਨ ਵਾਲੇ ਮੁੱਦੇ ’ਤੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜਾਂ ਨੂੰ ਕੋਟੇ ਵਿਚੋਂ ਕੋਟਾ ਦੇਣ ਦਾ ਅਧਿਕਾਰ ਹੈ ਅਤੇ ਸੂਬਾ ਸਰਕਾਰਾਂ ਰਾਖਵੇਂਕਰਨ ’ਚ ਸਬ ਕੈਟਾਗਿਰੀਆਂ ਬਣਾ ਸਕਦੀਆਂ ਹਨ। 7 ਜੱਜਾਂ ਵਾਲੀ ਬੈਂਚ ਵੱਲੋਂ 2004 ਦੇ ਆਪਣੇ ਹੀ ਫੈਸਲੇ ’ਤੇ ਮੁੜ ਤੋਂ ਵਿਚਾਰ ਕਰਨ ਤੋਂ ਬਾਅਦ ਪਲਟ ਦਿੱਤਾ ਗਿਆ ਹੈ। ਜਦਕਿ ਉਸ ਸਮੇਂ ਜਸਟਿਸ ਚਿਨੰਈਆ ਨੇ ਕਿਹਾ ਸੀ ਕਿ ਰਾਜਾਂ ਨੂੰ ਐਸਸੀ ਅਤੇ ਐਸਟੀ ਦੇ ਕੋਟੇ ਵਿਚੋਂ ਕੋਟਾ ਦੇਣ ਦਾ ਅਧਿਕਾਰ ਨਹੀਂ ਹੈ। ਅੱਜ ਹੋਈ ਸੁਣਵਾਈ ਦੌਰਾਨ ਬੈਂਚ ਨੇ ਕਿਹਾ ਕਿ ਮੰਨ ਲਓ ਕਿ ਸੂਬੇ ਅੰਦਰ ਬਹੁਤ ਸਾਰੇ ਪਿਛੜੇ ਵਰਗ ਹਨ ਪਰ ਸੂਬਾ ਸਰਕਾਰ ਵੱਲੋਂ ਕੇਵਲ ਦੋ ਨੂੰ ਹੀ ਚੁਣਿਆ ਜਾਂਦਾ ਹੈ। ਅਜਿਹੇ ’ਚ ਜਿਨ੍ਹਾਂ ਪਿਛੜੇ ਵਰਗਾਂ ਨੂੰ ਕਿਸੇ ਵੀ ਚੋਣ ਸਮੇਂ ਬਾਹਰ ਰੱਖਿਆ ਗਿਆ ਹੈ ਉਨ੍ਹਾਂ ਵੱਲੋਂ ਫੈਸਲੇ ਨੂੰ ਚੁਣੌਤੀ ਦਿੱਤੀ ਜਾ ਸਕਦੀ ਹੈ। 

 

ਖਰਾਬ ਮੌਸਮ ਦੇ ਚਲਦਿਆਂ ਰੋਕੀ ਗਈ ਕੇਦਾਰਨਾਥ ਯਾਤਰਾ

ਮਨਾਲੀ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ’ਚ ਲੰਘੀ ਦੇਰ ਰਾਤ ਭਾਰੀ ਬਾਰਿਸ਼ ਅਤੇ ਤਿੰਨ ਥਾਵਾਂ ’ਤੇ ਬੱਦਲ ਫਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋਈ ਜਦਕਿ 51 ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ। ਕੁੱਲੂ, ਮੰਡੀ ਅਤੇ ਰਾਮਪੁਰ ’ਚ ਬਾਰਿਸ਼ ਨਾਲ ਭਾਰੀ ਤਬਾਹੀ ਹੋਈ। ਪਾਰਬਤੀ ਨਦੀ ’ਚ ਪਾਣੀ ਦਾ ਪੱਧਰ ਵਧਣ ਨਾਲ ਮਲਾਣਾ ਪਾਵਰ ਪ੍ਰੋਜੈਕਟ 1 ਦਾ ਡੈਮ ਟੁੱਟ ਗਿਆ। ਰਾਮਪੁਰ ਦੇ ਸਮੇਜ ’ਚ ਬੱਦਲ ਫਟਣ ਤੋਂ ਬਾਅਦ ਸਮੇਜ ਪਿੰਡ ਦੇ ਕਈ ਘਰ ਪਾਣੀ ’ਚ ਰੁੜ ਗਏ। ਦੋ ਵਿਅਕਤੀਆਂ ਦੀਆਂ ਮਿ੍ਰਤਕ ਦੇਹਾਂ ਮਿਲ ਚੁੱਕੀਆਂ ਹਨ ਜਦਕਿ ਲਾਪਤਾ ਵਿਅਕਤੀਆਂ ਦੀ ਐਸਡੀਆਰਐਫ ਅਤੇ ਐਨਡੀਆਰਐਫ ਦੀਆਂ ਟੀਮਾਂ ਵੱਲੋਂ ਭਾਲ ਕੀਤੀ ਜਾ ਰਹੀ ਹੈ। ਉਧਰ ਉਤਰਾਖੰਡ ਦੇ ਕੇਦਾਰਨਾਥ ’ਚ ਵੀ ਭਾਰੀ ਮੀਂਹ ਅਤੇ ਬੱਦਲ ਫਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 200 ਦੇ ਲਗਭਗ ਯਾਤਰੀ ਸੜਕ ਟੁੱਟ ਜਾਣ ਕਾਰਨ ਇਥੇ ਫਸ ਗਏ ਹਨ। ਉਤਰਾਖੰਡ ਸਰਕਾਰ ਨੇ ਖਰਾਬ ਮੌਸਮ ਦੇ ਚਲਦਿਆਂ ਫਿਲਹਾਲ ਕੇਦਾਰਨਾਥ ਯਾਤਰਾ ਨੂੰ ਰੋਕ ਦਿੱਤਾ ਹੈ।

ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ 

ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮਿ੍ਰਤਪਾਲ ਸਿੰਘ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਕੀਤੀ ਗਈ। ਦਾਖਲ ਪਟੀਸ਼ਨ ’ਚ ਅੰਮਿ੍ਰਤਪਾਲ ਸਿੰਘ ਨੇ ਕਿਹਾ ਕਿ ਸੰਸਦ ਮੈਂਬਰ ’ਤੇ ਐਨਐਸਏ ਲਗਾਉਣਾ ਗਲਤ ਹੈ। ਕੋਰਟ ਨੇ ਇਸ ਮਾਮਲੇ ’ਚ ਕੇਂਦਰ ਅਤੇ ਪੰਜਾਬ ਸਰਕਾਰ ਨੋਟਿਸ ਜਾਰੀ ਕਰਕੇ ਜਵਾਬ ਦਾਖਲ ਕਰਨ ਲਈ ਕਿਹਾ ਹੈ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ। ਧਿਆਨ ਰਹੇ ਕਿ ਅੰਮਿ੍ਰਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ। ਉਨ੍ਹਾਂ ਵੱਲੋਂ ਕੋਰਟ ’ਚ ਦਾਖਲ ਕੀਤੀ ਗਈ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਐਨਐਸਏ ਦੀ ਸਮਾਂ ਸੀਮਾ ਇਕ ਸਾਲ ਲਈ ਹੋਰ ਵਧਾਉਣਾ ਪੂਰੀ ਤਰ੍ਹਾਂ ਨਾਲ ਗਲਤ ਹੈ। ਉਨ੍ਹਾਂ ਆਪਣੇ ਖਿਲਾਫ਼ ਕੀਤੀ ਗਈ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਨਾਲ ਗੈਰਕਾਨੂੰਨੀ ਦੱਸਿਆ। ਜ਼ਿਕਰਯੋਗ ਹੈ ਕਿ ਅੰਮਿ੍ਰਤਪਾਲ ਸਿੰਘ ਨੇ ਜੇਲ੍ਹ ਅੰਦਰੋਂ ਹੀ ਅਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਦੀ ਚੋਣ ਲੜੀ ਸੀ ਅਤੇ ਉਨ੍ਹਾਂ ਵੱਡੇ ਫਰਕ ਨਾਲ ਜਿੱਤ ਵੀ ਪ੍ਰਾਪਤ ਕੀਤੀ ਸੀ।

ਕਿਹਾ : ਪ੍ਰਧਾਨ ਮੰਤਰੀ ਖਿਲਾਫ਼ ਵਿਸ਼ੇਸ਼ ਅਧਿਕਾਰ ਹਨਨ ਦੀ ਕੀਤੀ ਜਾਵੇ ਕਾਰਵਾਈ

ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਨੇ ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਦੀ ਟਿੱਪਣੀ ਦੇ ਮਾਮਲੇ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਵਿਸ਼ੇਸ਼ ਅਧਿਕਾਰ ਮਤਾ ਦਿੱਤਾ। ਉਨ੍ਹਾਂ ਨੋਟਿਸ ’ਚ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਨੁਰਾਗ ਠਾਕੁਰ ਵੱਲੋਂ ਦਿੱਤੇ ਭਾਸ਼ਣ ਦੇ ਉਹ ਅੰਸ਼ ਸ਼ੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਹਨ, ਜਿਨ੍ਹਾਂ ਨੂੰ ਸਦਨ ਦੀ ਕਾਰਵਾਈ ਤੋਂ ਹਟਾ ਦਿੱਤਾ ਗਿਆ ਸੀ। ਚੰਨੀ ਨੇ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਕਦਮ ਨੂੰ ਸਦਨ ਦੇ ਵਿਸ਼ੇਸ਼ ਅਧਿਕਾਰਾਂ ਦਾ ਹਨਨ ਕਰਾਰ ਦਿੱਤਾ ਹੈ ਅਤੇ ਪ੍ਰਧਾਨ ਮੰਤਰੀ ਖਿਲਾਫ਼ ਵਿਸ਼ੇਸ਼ ਅਧਿਕਾਰ ਹਨਨ ਦੀ ਕਾਰਵਾਈ ਸ਼ੁਰੂ ਕਰਨ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਅਨੁਰਾਗ ਠਾਕੁਰ ਨੇ ਬਜਟ ’ਤੇ ਚਰਚਾ ’ਚ ਹਿੱਸਾ ਲੈਂਦੇ ਹੋਏ ਜਾਤੀ ਜਨਗਣਨਾ ਦੀ ਮੰਗ ਨੂੰ ਲੈ ਕੇ ਰਾਹੁਲ ਗਾਂਧੀ ’ਤੇ ਤਿੱਖੇ ਹਮਲੇ ਕੀਤੇ ਸਨ। ਉਨ੍ਹਾਂ ਕਿਹਾ ਸੀ ਕਿ ‘ਜਿਸ ਦੀ ਜਾਤੀ ਦਾ ਪਤਾ ਨਹੀਂ’ ਉਹ ਜਾਤੀ ਜਨਗਣਨਾ ਦੀ ਗੱਲ ਕਰਦਾ ਹੈ। ਕਾਂਗਰਸੀ ਸੰਸਦ ਮੈਂਬਰਾਂ ਨੇ ਅਨੁਰਾਗ ਠਾਕੁਰ ਦੀ ਇਸ ਟਿੱਪਣੀ ’ਤੇ ਨਾਰਾਜ਼ਗੀ ਪ੍ਰਗਟਾਉਂਦੇ ਹੋਏ ਸਦਨ ’ਚ ਕਾਫ਼ੀ ਹੰਗਾਮਾ ਕੀਤਾ ਸੀ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.