Monday, 20 April 2026

ਮਨਰੇਗਾ ਬਾਰੇ ਝੂਠ ਬੋਲਣ ਦੇ ਲਗਾਏ ਇਲਜ਼ਾਮ

ਚੰਡੀਗੜ੍ਹ/ਬਿਊਰੋ ਨਿਊਜ਼   

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਮਨਰੇਗਾ ਦਾ ਨਾਮ ਬਦਲਣ ਦੇ ਨਾਲ-ਨਾਲ ਇਸ ਵਿਚ ਬਦਲਾਅ ਕਰਨ ’ਤੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਿਚ ਟਕਰਾਅ ਵਧਦਾ ਜਾ ਰਿਹਾ ਹੈ। ਪਹਿਲਾਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਅਤੇ ਬਾਅਦ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ’ਤੇ ਸਵਾਲ ਉਠਾਏ ਗਏ। ਇਸ ਨੂੰ ਲੈ ਕੇ ਪੰਜਾਬ ਭਾਜਪਾ ਦੇ ਆਗੂਆਂ ਨੇ ਇਸ ਦਾ ਜਵਾਬ ਦਿੱਤਾ ਹੈ। ਪੰਜਾਬ ਭਾਜਪਾ ਦੇ ਸਕੱਤਰ ਅਨਿਲ ਸਰੀਨ ਅਤੇ ਪਾਰਟੀ ਦੇ ਬੁਲਾਰੇ ਵਿਨੀਤ ਜੋਸ਼ੀ ਨੇ ਇਲਜ਼ਾਮ ਲਗਾਇਆ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਲੋਕਾਂ ਨੂੰ ਗਲਤ ਜਾਣਕਾਰੀ ਦੇ ਰਹੇ ਹਨ। ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਸਰਕਾਰ ਝੂਠ ਬੋਲ ਰਹੀ ਹੈ। ਸਰੀਨ ਅਤੇ ਜੋਸ਼ੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪਹਿਲਾਂ ਆਟਾ-ਦਾਲ ਦੇ ਨਾਲ-ਨਾਲ ਦੇਸੀ ਘੀ ਦੇਣ ਦੇ ਦਾਅਵੇ ਕਰ ਰਹੀ ਸੀ, ਪਰ ਹੁਣ ਆਟਾ-ਦਾਲ ਵੀ ਗਰੀਬਾਂ ਨੂੰ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਮਨਰੇਗਾ ਯੋਜਨਾ ਵਿਚ ਸੁਧਾਰ ਜ਼ਰੂਰੀ ਸੀ। ਧਿਆਨ ਰਹੇ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਦਾ ਨਾਮ ਬਦਲ ਕੇ ਹੁਣ ‘ਵਿਕਸਿਤ ਭਾਰਤ-ਜੀ ਰਾਮ ਜੀ’ ਰੱਖ ਦਿੱਤਾ ਗਿਆ ਹੈ।  

ਟੈਂਡਰ ਘੁਟਾਲੇ ਵਿਚ ਪੰਜਾਬ ਸਰਕਾਰ ਦਾ ਐਕਸ਼ਨ

ਅੰਮਿ੍ਰਤਸਰ/ਬਿਊਰੋ ਨਿਊਜ਼  

ਪੰਜਾਬ ਸਰਕਾਰ ਨੇ ਸਾਲ 2025 ਦੇ ਅੱਜ ਆਖਰੀ ਦਿਨ ਭਿ੍ਰਸ਼ਟਾਚਾਰ ’ਤੇ ਕਾਰਵਾਈ ਕਰਦੇ ਹੋਏ ਅੰਮਿ੍ਰਤਸਰ ਇੰਪਰੂਵਮੈਂਟ ਟਰੱਸਟ ਦੇ 7 ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਸਾਰੇ ਅਧਿਕਾਰੀ ਇੰਜੀਨੀਅਰਿੰਗ ਵਿਭਾਗ ਨਾਲ ਜੁੜੇ ਹੋਏ ਹਨ। ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧ ਵਿਚ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਹ ਕਾਰਵਾਈ ਟਰੱਸਟ ਵਿਚ 52 ਕਰੋੜ 80 ਲੱਖ ਰੁਪਏ ਦੇ ਟੈਂਡਰ ਘੁਟਾਲੇ ਦੇ ਮਾਮਲੇ ਵਿਚ ਹੋਈ ਹੈ। ਇਸ ਮਾਮਲੇ ਵਿਚ ਪਹਿਲਾਂ ਵਿਜੀਲੈਂਸ ਦੇ ਐਸ.ਐਸ.ਪੀ. ਲਖਬੀਰ ਸਿੰਘ ਨੂੰ ਵੀ ਸਸਪੈਂਡ ਕੀਤਾ ਗਿਆ ਸੀ। ਜਿਹਨਾਂ 7 ਅਧਿਕਾਰੀਆਂ ਨੂੰ ਸਸਪੈਂਡ ਕੀਤਾ ਗਿਆ ਹੈ, ਉਨ੍ਹਾਂ ਵਿਚ ਸਤਭੂਸ਼ਣ ਸੱਚਦੇਵਾ, ਰਮਿੰਦਰਪਾਲ ਸਿੰਘ, ਬਿਕਰਮ ਸਿੰਘ, ਸੁਖਰਿਪਨਪਾਲ ਸਿੰਘ, ਸ਼ੁਭਮ ਪਿਪੇਸ਼, ਮਨਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਸ਼ਾਮਲ ਹਨ।

ਅੰਮਿ੍ਰਤਸਰ/ਬਿਊਰੋ ਨਿਊਜ਼  

ਨਵੇਂ ਸਾਲ 2026 ਦੀ ਆਮਦ ’ਤੇ ਦੇਸ਼ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਲਿਆ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦੱਸਣਯੋਗ ਹੈ ਕਿ  ਲੰਘੇ ਕੱਲ੍ਹ ਤੋਂ ਹੀ ਲੱਖਾਂ ਦੀ ਗਿਣਤੀ ਵਿਚ ਸਿੱਖ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਗਏ ਸਨ। ਹਰ ਪਾਸੇ ਸੰਗਤਾਂ ਦਾ ਸੈਲਾਬ ਨਜ਼ਰ ਆ ਰਿਹਾ ਸੀ। ਸ਼ਰਧਾਲੂਆਂ ਨੇ ਨਾਮ ਸਿਮਰਨ ਕਰਦਿਆਂ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ ਨਵੇਂ ਸਾਲ ਦਾ ਸਵਾਗਤ ਕੀਤਾ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਹਰ ਸਾਲ ਵਾਂਗ ਨਵੇਂ ਸਾਲ ਦੀ ਆਮਦ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ।

ਮੰਡੀ ਗੋਬਿੰਦਗੜ੍ਹ 30 ਦਸੰਬਰ: ਰਾਜਸਥਾਨ ਫਾਊਂਡੇਸ਼ਨ - ਨਿਊਯਾਰਕ ਚੈਪਟਰ (ਯੂਐਸਏ) ਦੀ ਪ੍ਰਧਾਨ, ਨੈਸ਼ਨਲ ਯੂਐਸ - ਇੰਡੀਆ ਚੈਂਬਰ ਆਫ਼ ਕਾਮਰਸ ਦੀ ਸੰਸਥਾਪਕ ਅਤੇ ਸੀਈਓ ਅਤੇ ਯੂਐਸ ਸੈਕਟਰੀ ਆਫ਼ ਕਾਮਰਸ ਦੀ ਸਲਾਹਕਾਰ ਡਾ. ਪੂਰਨਿਮਾ ਵੋਰੀਆ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਵਫ਼ਦ ਨੇ ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨ ਲਾਲ ਸ਼ਰਮਾ ਨਾਲ ਜੈਪੁਰ ਵਿੱਚ ਮੁਲਾਕਾਤ ਕੀਤੀ ਤਾਂ ਜੋ ਰਾਜਸਥਾਨ ਦੇ ਨੌਜਵਾਨਾਂ ਲਈ ਵਿਸ਼ਵਵਿਆਪੀ ਸਿੱਖਿਆ ਪਹਿਲਕਦਮੀਆਂ ਅਤੇ ਅੰਤਰਰਾਸ਼ਟਰੀ ਕਰੀਅਰ ਦੇ ਮੌਕਿਆਂ ਬਾਰੇ ਚਰਚਾ ਕੀਤੀ ਜਾ ਸਕੇ।
ਵਫ਼ਦ ਵਿੱਚ ਡਾ. ਸੰਦੀਪ ਸਿੰਘ, ਪ੍ਰਧਾਨ ਡੀਬੀਯੂ ਗਰੁੱਪ ਅਤੇ ਮੈਂਬਰ ਰਾਜਸਥਾਨ ਫਾਊਂਡੇਸ਼ਨ - ਨਿਊਯਾਰਕ ਚੈਪਟਰ (ਯੂਐਸਏ) ਅਤੇ ਇੰਜੀਨੀਅਰ ਅਰੁਣ ਮਲਿਕ, ਡਾਇਰੈਕਟਰ ਓਪਰੇਸ਼ਨ, ਡੀਬੀਯੂ ਅਮਰੀਕਾ ਸ਼ਾਮਲ ਸਨ। ਗੱਲਬਾਤ ਅਕਾਦਮਿਕ ਸਹਿਯੋਗ, ਅੰਤਰਰਾਸ਼ਟਰੀ ਭਾਈਵਾਲੀ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਲਈ ਖਾਸ ਤੌਰ 'ਤੇ ਮੈਡੀਕਲ ਸਿੱਖਿਆ ਅਤੇ ਸਿਹਤ ਸੰਭਾਲ ਵਿਗਿਆਨ ਦੇ ਖੇਤਰ ਵਿੱਚ ਮਾਰਗਾਂ ਦਾ ਵਿਸਤਾਰ ਕਰਨ 'ਤੇ ਕੇਂਦ੍ਰਿਤ ਸੀ।
ਚਰਚਾ ਦੌਰਾਨ, ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਵਿੱਚ ਸਥਿਤ ਡੀਬੀਯੂ ਅਮਰੀਕਾ ਸਕੂਲ ਆਫ਼ ਮੈਡੀਸਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ, ਜੋ ਕਿ ਵਿਸ਼ਵ ਪੱਧਰ 'ਤੇ ਇਕਸਾਰ ਐਮਡੀ (ਡਾਕਟਰ ਆਫ਼ ਮੈਡੀਸਨ) ਪ੍ਰੋਗਰਾਮ ਪੇਸ਼ ਕਰਦਾ ਹੈ। ਇਹ ਪ੍ਰੋਗਰਾਮ ਭਾਰਤੀ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਉੱਚ-ਗੁਣਵੱਤਾ ਵਾਲੀ ਡਾਕਟਰੀ ਸਿੱਖਿਆ, ਅੰਗਰੇਜ਼ੀ-ਮਾਧਿਅਮ ਦੀ ਹਦਾਇਤ ਅਤੇ ਕਲੀਨਿਕਲ ਐਕਸਪੋਜ਼ਰ ਅਤੇ ਗਲੋਬਲ ਮੈਡੀਕਲ ਕਰੀਅਰ ਲਈ ਢਾਂਚਾਗਤ ਮਾਰਗ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ।
ਵਫ਼ਦ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਵੇਂ ਅਜਿਹੇ ਅੰਤਰਰਾਸ਼ਟਰੀ ਮੈਡੀਕਲ ਸਿੱਖਿਆ ਦੇ ਮੌਕੇ ਰਾਜਸਥਾਨ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ, ਵਿਸ਼ਵ ਪੱਧਰ 'ਤੇ ਬੈਂਚਮਾਰਕ ਕੀਤੇ ਪਾਠਕ੍ਰਮ ਅਤੇ ਸਿਹਤ ਸੰਭਾਲ ਵਿੱਚ ਅੰਤਰਰਾਸ਼ਟਰੀ ਕਰੀਅਰ ਦੀਆਂ ਸੰਭਾਵਨਾਵਾਂ ਤੱਕ ਪਹੁੰਚ ਪ੍ਰਦਾਨ ਕਰਕੇ ਲਾਭ ਪਹੁੰਚਾ ਸਕਦੇ ਹਨ

ਮੀਟਿੰਗ ਨੇ ਰਾਜਸਥਾਨ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਸਿੱਖਿਆ ਰਾਹੀਂ, ਖਾਸ ਕਰਕੇ ਦਵਾਈ ਅਤੇ ਸਿਹਤ ਸੰਭਾਲ ਵਰਗੇ ਮਹੱਤਵਪੂਰਨ ਖੇਤਰਾਂ ਵਿੱਚ, ਸਸ਼ਕਤ ਬਣਾਉਣ ਦੇ ਸਾਂਝੇ ਦ੍ਰਿਸ਼ਟੀਕੋਣ ਨੂੰ ਦਰਸਾਇਆ, ਜਿਸ ਨਾਲ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਯੋਗਦਾਨ ਪਾਉਣ ਲਈ ਭਵਿੱਖ ਲਈ ਤਿਆਰ ਪੇਸ਼ੇਵਰ ਬਣ ਸਕਣ

 

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਸਰਕਾਰ ਨੇ ਕੜਾਕੇ ਦੀ ਠੰਡ ਅਤੇ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਸੂਬੇ ਦੇ ਸਾਰੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਵਾਂਗ ਖੁੱਲ੍ਹਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕੀਤੀ ਹੈ। ਧਿਆਨ ਰਹੇ ਕਿ ਮੌਸਮ ਵਿਭਾਗ ਵਲੋਂ ਵੀ ਠੰਡ ਅਤੇ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਰਕੇ ਸਵੇਰ ਵੇਲੇ ਸਕੂਲ ਜਾਣ ਵਾਲੇ ਬੱਚਿਆਂ ਲਈ ਮੁਸ਼ਕਲ ਬਣੀ ਹੋਈ ਸੀ।

ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ’ਚ ਲਿਆਂਦੇ ਬਦਲਾਅ ਖਿਲਾਫ ਮਤਾ ਪ੍ਰਵਾਨ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੰਗਾਮਿਆਂ ਭਰਪੂਰ ਰਿਹਾ ਹੈ। ਇਸਦੇ ਚੱਲਦਿਆਂ ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖਿਲਾਫ ਮਤਾ ਪ੍ਰਵਾਨ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਸ ਨਵੇਂ ਕਾਨੂੰਨ ਦੇ ਖਿਲਾਫ ਹਰ ਪੱਧਰ ’ਤੇ ਲੜਾਈ ਲੜੇਗੀ ਤਾਂ ਕਿ ਗਰੀਬਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕੀਤਾ ਜਾ ਸਕੇ। ਸਦਨ ਵਿਚ ਮੁੱਖ ਮੰਤਰੀ ਦਾ ਭਾਸ਼ਣ ਸ਼ੁਰੂ ਹੋਣ ਮੌਕੇ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਹੰਗਾਮਾ ਵੀ ਕੀਤਾ। ਸਪੀਕਰ ਦੇ ਹੁਕਮਾਂ ’ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸਦਨ ਵਿਚੋਂ ਬਾਹਰ ਵੀ ਕੱਢ ਦਿੱਤਾ ਗਿਆ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸਦਨ ਵਿਚ ਇਕੱਲੇ ਮਤੇ ਪਾਸ ਕਰਨ ਨਾਲ ਗੱਲ ਨਹੀਂ ਬਣੇਗੀ, ਦਿੱਲੀ ਵਿਚ ਪ੍ਰਧਾਨ ਮੰਤਰੀ ਦੇ ਦਫਤਰ ਤੇ ਘਰ ਅੱਗੇ ਧਰਨਾ ਦੇਣਾ ਪਵੇਗਾ। ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣ ਦੇ ਰਾਹ ਪਈ ਹੋਈ ਹੈ। ਜ਼ਿਕਰਯੋਗ ਹੈ ਕਿ ਮਨਰੇਗਾ ਵਿਚ ਹੋਏ ਬਦਲਾਅ ਦੇ ਪ੍ਰਭਾਵਾਂ ’ਤੇ ਚਰਚਾ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਸੀ। ਧਿਆਨ ਰਹੇ ਕਿ ਕੇਂਦਰ ਵਿਚ ਕਾਂਗਰਸ ਪਾਰਟੀ ਦੀ ਡਾ. ਮਨਮੋਹਨ ਸਿੰਘ ਸਰਕਾਰ ਦੇ ਸਮੇਂ ਮਨਰੇਗਾ ਦੀ ਸਕੀਮ ਸ਼ੁਰੂ ਕੀਤੀ ਗਈ ਸੀ ਅਤੇ ਹੁਣ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਇਸ ਸਕੀਮ ਦਾ ਨਾਂ ਬਦਲ ਕੇ ‘ਵਿਕਸਿਤ ਭਾਰਤ-ਜੀ ਰਾਮ ਜੀ’ ਰੱਖ ਦਿੱਤਾ ਹੈ ਅਤੇ ਇਸਦਾ ਗੈਰ ਭਾਜਪਾਈ ਸਰਕਾਰਾਂ ਡਟਵਾਂ ਵਿਰੋਧ ਕਰ ਰਹੀਆਂ ਹਨ।

 

 

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਸਾਹਿਬਜ਼ਦਿਆਂ ਦੀ ਕੁਰਬਾਨੀ ਨੂੰ ਕੀਤਾ ਗਿਆ ਯਾਦ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਾਦਤਾਂ ਨੂੰ ਕੀਤਾ ਨਮਨ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਸਭ ਤੋਂ ਪਹਿਲਾਂ ਸਾਹਿਬਜ਼ਦਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਾਦਤਾਂ ਨੂੰ ਨਮਨ ਕੀਤਾ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਬੇਮਿਸਾਲ ਦੱਸਿਆ। ਮਾਨ ਨੇ ਕਿਹਾ ਕਿ ਗੁਰੂ ਸਾਹਿਬ, ਮਾਤਾ ਗੁਜਰੀ ਜੀ, ਸਾਹਿਬਜ਼ਾਦਿਆਂ ਅਤੇ ਹੋਰ ਸਿੰਘਾਂ ਦੀਆਂ ਸ਼ਹਾਦਤਾਂ ਨੂੰ ਸਾਰੀ ਦੁਨੀਆ ਅੱਜ ਨਮਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਅਜਿਹੇ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਇਨ੍ਹਾਂ ਸ਼ਹਾਦਤਾਂ ਨੂੰ ਨਮਨ ਕਰਨ ਆਉਣ ਵਾਲੀ ਸੰਗਤ ਨੂੰ ਕੋਈ ਮੁਸ਼ਕਿਲ ਤੇ ਪ੍ਰਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਇਨ੍ਹਾਂ ਸ਼ਹਾਦਤਾਂ ਬਾਰੇ ਪੜ੍ਹਾਇਆ ਜਾਵੇ ਅਤੇ ਅਗਲੀ ਪੀੜ੍ਹੀ ਨੂੰ ਵੀ ਇਸ ਸਬੰਧੀ ਜਾਣੂ ਕਰਵਾਇਆ ਜਾਵੇ। ਇਹ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। 

ਆਧੁਨਿਕ ਸੌਫਟਵੇਅਰ ਅਤੇ ਹਾਈਟੈਕ ਕੈਮਰਿਆਂ ਨਾਲ ਲੈਸ ਹੋਵੇਗੀ ਪੰਜਾਬ ਪੁਲਿਸ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਪੁਲਿਸ ਨੇ ਸੂਬੇ ਦੀ ਸੁਰੱਖਿਆ ਅਤੇ ਸਰਹੱਦ ਪਾਰੋਂ ਹੋਣ ਵਾਲੀ ਡਰੋਨ ਤਸਕਰੀ ਰੋਕਣ ਲਈ ਵੱਡੀ ਯੋਜਨਾ ਤਿਆਰ ਕੀਤੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਅਗਲੇ ਵਿੱਤੀ ਸਾਲ ਵਿਚ 17 ਨਵੇਂ ਐਂਟੀ-ਡਰੋਨ ਸਿਸਟਮ ਖਰੀਦਣ ਲਈ ਕੇਂਦਰ ਸਰਕਾਰ ਕੋਲੋਂ 175 ਕਰੋੜ ਰੁਪਏ ਦੇ ਫੰਡਾਂ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਤਿੰਨ ਸਿਸਟਮ ਸਰਹੱਦੀ ਖੇਤਰਾਂ ਵਿਚ ਕੰਮ ਕਰ ਰਹੇ ਹਨ ਅਤੇ ਹੋਰ 6 ਸਿਸਟਮ ਜਲਦੀ ਹੀ ਚਾਲੂ ਕਰ ਦਿੱਤੇ ਜਾਣਗੇ। ਡੀਜੀਪੀ ਨੇ ਖੁਲਾਸਾ ਕੀਤਾ ਕਿ ਅਪਰਾਧ ਨਾਲ ਵਿਗਿਆਨਕ ਤਰੀਕੇ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਦੋ ਨਵੇਂ ਸੌਫਟਵੇਅਰ ਲਾਂਚ ਕਰੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਹਾਈਟੈਕ ਕੈਮਰਿਆਂ ਨਾਲ ਵੀ ਲੈਸ ਹੋਵੇਗੀ। 

ਮੁੱਖ ਮੰਤਰੀ ਵਲੋਂ ਲਗਾਏ ਇਲਜ਼ਾਮਾਂ ਨੂੰ ਦੱਸਿਆ ਸਿਆਸਤ ਤੋਂ ਪ੍ਰੇਰਿਤ

ਅੰਮਿ੍ਰਤਸਰ/ਬਿਊਰੋ ਨਿਊਜ਼

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਾਏ ਗਏ ਇਲਜ਼ਾਮਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਧਾਮੀ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਇਸ ਮਾਮਲੇ ਵਿਚ 16 ਜ਼ਿੰਮੇਵਾਰ ਵਿਅਕਤੀਆਂ ਖਿਲਾਫ ਪਹਿਲਾਂ ਹੀ ਸਖਤ ਕਾਰਵਾਈ ਕੀਤੀ ਜਾ ਚੁੱਕੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਸਰੂਪਾਂ ਦੇ ਲਾਪਤਾ ਹੋਣ ਦਾ ਨਹੀਂ, ਬਲਕਿ ਪ੍ਰਬੰਧਕੀ ‘ਹੇਰਾਫੇਰੀ’ ਦਾ ਸੀ। ਧਾਮੀ ਨੇ ਸਰਕਾਰ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਕਿਸੇ ਵੀ ਦੋਸ਼ੀ ਕਰਮਚਾਰੀ ਨੂੰ ਬਚਾ ਨਹੀਂ ਰਹੀ, ਕਿਉਂਕਿ ਬਰਖਾਸਤ ਕੀਤੇ ਗਏ ਵਿਅਕਤੀਆਂ ਨਾਲ ਹੁਣ ਸੰਸਥਾ ਦਾ ਕੋਈ ਲੈਣ-ਦੇਣ ਨਹੀਂ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਪਤਾ ਹੋਏ ਪਾਵਨ ਸਰੂਪਾਂ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਸੀ। 

ਡੋਗਰਾ ਫਾਜ਼ਿਲਕਾ ਵਿਚ ਏ.ਆਈ.ਜੀ. ਸਟੇਟ ਸਪੈਸ਼ਲ ਅਪਰੇਸ਼ਨ ਸੈਲ ਨਿਯੁਕਤ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਪੁਲਿਸ ਵਿਭਾਗ ਵਿਚ ਫੇਰਬਦਲ ਕੀਤਾ ਗਿਆ ਹੈ। ਇਸਦੇ ਚੱਲਦਿਆਂ ਜਲੰਧਰ ਦੇ ਡੀ.ਸੀ.ਪੀ. ਨਰੇਸ਼ ਡੋਗਰਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਨਰੇਸ਼ ਡੋਗਰਾ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈਲ ਫਾਜ਼ਿਲਕਾ ਵਿਚ ਏ.ਆਈ.ਜੀ. ਦੇ ਅਹੁਦੇ ’ਤੇ ਤੈਨਾਤ ਕੀਤਾ ਗਿਆ ਹੈ। ਨਰੇਸ਼ ਡੋਗਰਾ ਨੇ ਜਲੰਧਰ ਵਿਚ ਤੈਨਾਤੀ ਦੌਰਾਨ ਕਈ ਅਹਿਮ ਮਾਮਲਿਆਂ ਵਿਚ ਸਰਗਰਮ ਭੂਮਿਕਾ ਨਿਭਾਈ ਹੈ। ਨਰੇਸ਼ ਡੋਗਰਾ ਨੇ ਆਪਣੇ ਤਬਾਦਲੇ ਤੋਂ ਬਾਅਦ ਕਿਹਾ ਕਿ ਵਿਭਾਗ ਵਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪੰਜਾਬ ਵਿਚ ਅਪਰਾਧ ਨੂੰ ਨੱਥ ਪਾਈ ਜਾਵੇਗੀ। ਇਸਦੇ ਨਾਲ ਹੀ ਮੁਹਾਲੀ ਵਿਚ ਤੈਨਾਤ ਪੀ.ਪੀ.ਐਸ. ਦਮਨਬੀਰ ਸਿੰਘ ਦਾ ਵੀ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੀ ਨਿਯੁਕਤੀ ਹੁਣ ਚੰਡੀਗੜ੍ਹ ਵਿਚ ਹੋਵੇਗੀ।  

ਕਿਹਾ : ਪੰਜਾਬ ਸਰਕਾਰ ਅਮਨ ਕਾਨੂੰਨ ਵਿਵਸਥਾ ’ਤੇ ਕਰਵਾਏ ਚਰਚਾ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸੂਬੇ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ’ਤੇ ਚਰਚਾ ਕਰਾਉਣੀ ਚਾਹੀਦੀ ਹੈ। ਜੇ ਸੂਬੇ ਵਿੱਚ ਅਮਨ ਸ਼ਾਂਤੀ ਹੋਵੇਗੀ ਤਾਂ ਹੀ ਲੋਕ ਕੰਮ ਕਰਨਗੇ। ਉਨ੍ਹਾਂ ਸਵਾਲ ਕੀਤਾ ਕਿ ਸਰਕਾਰ ਆਪਣੇ ਮੰਤਰੀਆਂ-ਸੰਤਰੀਆਂ ਨੂੰ ਬਚਾਉਣ ਲਈ ਨਰੇਗਾ ਵਿੱਚ ਹੋਏ ਭਿ੍ਰਸ਼ਟਾਚਾਰ ਦੀ ਜਾਂਚ ਕਿਉਂ ਨਹੀਂ ਕਰਵਾ ਰਹੀ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਹਰੇਕ ਮੰਚ ਉੱਤੇ ਪੰਜਾਬ ਦੇ ਭਰੇ ਖਜ਼ਾਨੇ ਦੀ ਗੱਲ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਗਰੀਬਾਂ ਨੂੰ ਹੁਣ 100 ਦੀ ਬਜਾਏ 125 ਦਿਨ ਰੁਜ਼ਗਾਰ ਮੁਹਈਆ ਕਰਵਾ ਕੇ ਗਰੀਬਾਂ ਦੇ ਸੱਚੇ ਹਮਦਰਦ ਹੋਣ ਦਾ ਸਬੂਤ ਦੇਣ। 

ਜਲੰਧਰ/ਬਿਊਰੋ ਨਿਊਜ਼

ਜਲੰਧਰ ’ਚ ਰੀਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਅਫਸਰ ਰਵਿੰਦਰ ਸਿੰਘ ਗਿੱਲ ਦੀ ਅਚਾਨਕ ਮੌਤ ਹੋ ਗਈ ਅਤੇ ਉਨ੍ਹਾਂ ਦੀ ਲਾਸ਼ ਬਾਥਰੂਮ ਵਿਚੋਂ ਮਿਲੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਗਿੱਲ ਸਵੇਰੇ ਆਪਣੇ ਫਲੈਟ ਵਿਚੋਂ ਬਾਹਰ ਨਹੀਂ ਆਏ ਤਾਂ ਉਨ੍ਹਾਂ ਦੇ ਡਰਾਈਵਰ ਤੇ ਗਨਮੈਨ ਨੇ ਘਰ ਦੇ ਕਮਰਿਆਂ ਵਿਚ ਭਾਲ ਕਰਨ ਦੌਰਾਨ ਬਾਥਰੂਮ ਦਾ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਰਵਿੰਦਰ ਸਿੰਘ ਗਿੱਲ ਫਰਸ਼ ’ਤੇ ਡਿੱਗੇ ਹੋਏ ਸਨ। ਇਸ ਨੂੰ ਲੈ ਕੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਵਲੋਂ ਰਵਿੰਦਰ ਸਿੰਘ ਗਿੱਲ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਬਠਿੰਡਾ ਨਾਲ ਸਬੰਧਤ ਰਵਿੰਦਰ ਸਿੰਘ ਗਿੱਲ ਦੇ ਦੋ ਪੁੱਤਰ ਹਨ ਅਤੇ ਇਕ ਪੁੱਤਰ ਦਾ ਵਿਆਹ ਕੁਝ ਹੀ ਦਿਨ ਪਹਿਲਾਂ ਹੋਇਆ ਸੀ। ਦੱਸਣਯੋਗ ਹੈ ਕਿ ਰਵਿੰਦਰ ਸਿੰਘ ਗਿੱਲ ਇਸ ਤੋਂ ਪਹਿਲਾਂ ਬਠਿੰਡਾ ਵਿਚ ਮੋਟਰ ਵਹੀਕਲ ਇੰਸਪੈਕਟਰ ਵਜੋਂ ਤੈਨਾਤ ਰਹੇ ਅਤੇ ਤਰੱਕੀ ਮਿਲਣ ਤੋਂ ਬਾਅਦ ਚੰਡੀਗੜ੍ਹ ਹੈਡ ਆਫਿਸ ਵਿਚ ਡਿਊਟੀ ਕਰ ਰਹੇ ਸਨ ਅਤੇ ਜਲੰਧਰ ਆਰ.ਟੀ.ਏ. ਦਾ ਚਾਰਜ ਵੀ ਉਨ੍ਹਾਂ ਕੋਲ ਹੀ ਸੀ।   

 

ਕਾਨੂੰਨ ਤੋੜਨ ਵਾਲਿਆਂ ਦੀ ਹੋਵੇਗੀ ‘ਖਾਸ ਮਹਿਮਾਨ ਨਿਵਾਜ਼ੀ’

ਚੰਡੀਗੜ੍ਹ/ਬਿਊਰੋ ਨਿਊਜ਼

ਨਵੇਂ ਸਾਲ 2026 ਦੇ ਸਵਾਗਤ ਅਤੇ 31 ਦਸੰਬਰ ਦੀ ਰਾਤ ਨੂੰ ਲੈ ਕੇ ਪੰਜਾਬ ਪੁਲਿਸ ਨੇ ਸੂਬੇ ਦੇ ਲੋਕਾਂ ਲਈ ਇੱਕ ਬਹੁਤ ਹੀ ਦਿਲਚਸਪ ਅਤੇ ਨਿਵੇਕਲਾ ਸੱਦਾ ਪੱਤਰ ਜਾਰੀ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ’ਤੇ ਇੱਕ ਖਾਸ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਪੁਲਿਸ ਨੇ ਹਲਕੇ-ਫੁਲਕੇ ਅੰਦਾਜ਼ ਵਿੱਚ ਸ਼ਰਾਰਤੀ ਅਨਸਰਾਂ ਅਤੇ ਕਾਨੂੰਨ ਤੋੜਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਇਸ ਨਿਵੇਕਲੇ ਸੱਦਾ ਪੱਤਰ ਵਿੱਚ ਪੰਜਾਬ ਪੁਲਿਸ ਨੇ ‘ਵਿਸ਼ੇਸ਼ ਆਫਰਾਂ’ ਦਾ ਜ਼ਿਕਰ ਕਰਦਿਆਂ ਲਿਖਿਆ ਹੈ ਕਿ ਜੇ ਕੋਈ ਵਿਅਕਤੀ ਨਵੇਂ ਸਾਲ ਦੀ ਰਾਤ  ਸ਼ਰਾਬ ਪੀ ਕੇ ਗੱਡੀ ਚਲਾਉਂਦਾ ਹੈ, ਜਨਤਕ ਥਾਵਾਂ ’ਤੇ ਹੰਗਾਮਾ ਕਰਦਾ ਹੈ, ਸੜਕਾਂ ’ਤੇ ਲੜਾਈ-ਝਗੜਾ ਕਰਦਾ ਹੈ ਜਾਂ ਕਾਨੂੰਨ ਵਿਵਸਥਾ ਨੂੰ ਭੰਗ ਕਰਦਾ ਪਾਇਆ ਗਿਆ ਤਾਂ ਉਸ ਲਈ ਉਨ੍ਹਾਂ ਕੋਲ ਕੁਝ ਖਾਸ ਤੋਹਫੇ ਹਨ। ਪੰਜਾਬ ਪੁਲਿਸ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਦਾ ਭਰੋਸਾ ਦਿੰਦੇ ਹੋਏ ਇਹ ਵੀ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਤੁਹਾਡੀ ਨਵੇਂ ਸਾਲ ਦੀ ਰਾਤ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਤੁਰੰਤ 112 ਨੰਬਰ ਡਾਇਲ ਕਰਕੇ ਪੁਲਿਸ ਨੂੰ ਸੂੁਚਿਤ ਕੀਤਾ ਜਾ ਸਕਦਾ ਹੈ। 

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.