Friday, 17 April 2026

ਅੰਮਿ੍ਰਤਸਰ ’ਚ ਕੀਤੀ ਸੀ ਪੜ੍ਹਾਈ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਰਹੇ ਪ੍ਰੋਫੈਸਰ

ਚੰਡੀਗੜ੍ਹ/ਬਿਊਰੋ ਨਿਊਜ਼  

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਜਿਨ੍ਹਾਂ ਦਾ ਦਿਹਾਂਤ ਹੋ ਗਿਆ ਹੈ, ਉਨ੍ਹਾਂ ਦਾ ਪੰਜਾਬ ਨਾਲ ਬਹੁਤ ਡੂੰਘਾ ਰਿਸ਼ਤਾ ਸੀ। ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ ਜਿੱਥੇ ਦੇਸ਼ ਭਰ ਵਿਚ ਸੋਗ ਮਨਾਇਆ ਜਾ ਰਿਹਾ ਹੈ, ਉਥੇ ਪੰਜਾਬ ਅਤੇ ਚੰਡੀਗੜ੍ਹ ਵਿਚ ਵੀ  ਸੋਗ ਦੀ ਲਹਿਰ ਹੈ। ਡਾ. ਮਨਮੋਹਨ ਸਿੰਘ ਦਾ ਪਰਿਵਾਰ ਬਟਵਾਰੇ ਦੇ ਸਮੇਂ ਪਾਕਿਸਤਾਨ ਤੋਂ ਭਾਰਤ ਆਇਆ ਸੀ। ਉਨ੍ਹਾਂ ਨੇ ਅੰਮਿ੍ਰਤਸਰ ’ਚ ਆਪਣੀ ਸ਼ੁਰੂਆਤੀ ਪੜ੍ਹਾਈ ਕੀਤੀ। ਉਨ੍ਹਾਂ ਨੇ ਚੰਡੀਗੜ੍ਹ ’ਚ ਸਥਿਤ ਪੰਜਾਬ ਯੂਨੀਵਰਸਿਟੀ ਵਿਚ ਪੋ੍ਰਫੈਸਰ ਵਜੋਂ ਸੇਵਾਵਾਂ  ਵੀ ਨਿਭਾਈਆਂ ਸਨ। ਡਾ. ਮਨਮੋਹਨ ਸਿੰਘ 1957 ਤੋਂ ਲੈ ਕੇ 1965 ਤੱਕ ਪੰਜਾਬ ਯੂਨੀਵਰਸਿਟੀ ਵਿਚ ਪ੍ਰੋਫੈਸਰ ਦੇ ਅਹੁਦੇ ’ਤੇ ਰਹੇ। ਧਿਆਨ ਰਹੇ ਕਿ ਨਿਊ ਚੰਡੀਗੜ੍ਹ ਦੇ ਪਹਿਲੇ ਸਰਕਾਰੀ ਪ੍ਰੋਜੈਕਟ ਭਾਭਾ ਕੈਂਸਰ ਹਸਪਤਾਲ ਦਾ ਨੀਂਹ ਪੱਥਰ ਵੀ ਡਾ. ਮਨਮੋਹਨ ਸਿੰਘ ਹੋਰਾਂ ਨੇ ਹੀ ਰੱਖਿਆ ਸੀ।  

 

ਪੰਜਾਬ ਸਰਕਾਰ ਨੇ ਝਾਕੀ ਤਿਆਰ ਕਰਨ ਲਈ ਤਿਆਰੀਆਂ ਵਿੱਢੀਆਂ

ਚੰਡੀਗੜ੍ਹ/ਬਿਊਰੋ ਨਿਊਜ਼

ਭਾਰਤ ਦੀ ਰਾਜਧਾਨੀ ਦਿੱਲੀ ’ਚ 26 ਜਨਵਰੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਦੋ ਸਾਲਾਂ ਬਾਅਦ ਪੰਜਾਬ ਦੀ ਝਾਕੀ ਦਿਖੇਗੀ। ਰੱਖਿਆ ਮੰਤਰਾਲੇ ਨੇ ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਕਰਨ ਦੀ ਮਨਜ਼ੂਰੀ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਇਸ ਵਾਰ ਗਣਤੰਤਰ ਦਿਵਸ ਦੀ ਕੌਮੀ ਪਰੇਡ ਵਿੱਚ ਪੇਸ਼ ਕੀਤੀ ਜਾਣ ਵਾਲੀ ਝਾਕੀ ਵਿੱਚ ਬਾਬਾ ਫਰੀਦ, ਪੰਜਾਬ ਦੇ ਸੰਗੀਤ ਅਤੇ ਸੱਭਿਆਚਾਰ ਨੂੰ ਪੇਸ਼ ਕੀਤਾ ਜਾਵੇਗਾ। ਇਸ ਝਾਕੀ ਵਿੱਚ ਦੋ ਬਲਦ ਵੀ ਦਿਖਾਏ ਜਾਣਗੇ। ਪੰਜਾਬ ਸਰਕਾਰ ਨੇ ਝਾਕੀ ਤਿਆਰ ਕਰਨ ਲਈ ਸਾਰੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ’ਤੇ ਦਿੱਲੀ ’ਚ ਹੋਣ ਵਾਲੀ ਕੌਮੀ ਪਰੇਡ ਵਿੱਚ ਪਹਿਲਾਂ ਹਰ ਸਾਲ ਸ਼ਾਮਲ ਕੀਤਾ ਜਾਂਦਾ ਸੀ ਪਰ ਸਾਲ 2023 ਅਤੇ 2024 ਵਿੱਚ ਰੱਖਿਆ ਮੰਤਰਾਲੇ ਨੇ ਸੂਬੇ ਦੀ ਝਾਕੀ ਨੂੰ ਨਾਮਨਜ਼ੂਰ ਕਰ ਦਿੱਤਾ ਸੀ। ਰੱਖਿਆ ਮੰਤਰਾਲੇ ਦੇ ਰਵੱਈਏ ਤੋਂ ਨਾਰਾਜ਼ ਹੁੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਵੱਲੋਂ ਤਿਆਰ ਕੀਤੀਆਂ ਗਈਆਂ ਝਾਕੀਆਂ ਸੂਬੇ ਦੇ ਲੋਕਾਂ ਨੂੰ ਦਿਖਾਉਣ ਦਾ ਫੈਸਲਾ ਕੀਤਾ ਸੀ। ਜਾਣਕਾਰੀ ਅਨੁਸਾਰ ਰੱਖਿਆ ਮੰਤਰਾਲੇ ਨੇ ਇਸ ਵਾਰ ਗਣਤੰਤਰ ਦਿਵਸ ਪਰੇਡ ਵਿੱਚ 15 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਝਾਕੀਆਂ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ।

350 ਆਂਗਣਬਾੜੀ ਕੇਂਦਰ ਵੀ ਹੋਣਗੇ ਅਪਗਰੇਡ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਸਰਕਾਰ ਵਲੋਂ ਸੂਬੇ ਵਿਚ ਚੱਲ ਰਹੇ ਪਲੇਅ ਸਕੂਲਾਂ ਦੇ ਲਈ ਗਾਈਡ ਲਾਈਨਾਂ ਤਿਆਰ ਕੀਤੀਆਂ ਗਈਆਂ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਗਾਈਡ ਲਾਈਨ ਮੁਤਾਬਕ ਪੰਜਾਬ ਵਿਚ ਬਿਨਾ ਰਜਿਸਟ੍ਰੇਸ਼ਨ ਤੋਂ ਪਲੇਅ ਸੈਂਟਰ ਨਹੀਂ ਚੱਲ ਸਕਣਗੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ 350 ਆਂਗਣਬਾੜੀ ਕੇਂਦਰਾਂ ਨੂੰ ਵੀ ਅਪਗਰੇਡ ਕਰਨ ਦਾ ਕੰਮ ਸ਼ੁਰੂ ਕੀਤਾ ਹੈ ਅਤੇ ਇਹ ਪ੍ਰੋਜੈਕਟ 31 ਜਨਵਰੀ 2025 ਤੱਕ ਮੁਕੰਮਲ ਹੋ ਜਾਵੇਗਾ। ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਪਗਰੇਡ ਕੀਤੇ ਗਏ ਕੇਂਦਰਾਂ ਵਿਚ ਬੱਚਿਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਮਨਰੇਗਾ ਦੇ ਤਹਿਤ 1 ਹਜ਼ਾਰ ਆਂਗਣਬਾੜੀ ਕੇਂਦਰਾਂ ਦਾ ਨਿਰਮਾਣ ਕਰਨਾ ਹੈ ਅਤੇ ਹਰੇਕ ਆਂਗਣਬਾੜੀ ਕੇਂਦਰ ਨੂੰ 12 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਇਨ੍ਹਾਂ ਕੇਂਦਰਾਂ ਵਿਚ ਬੱਚਿਆਂ ਅਤੇ ਮਾਵਾਂ ਦੇ ਲਈ ਸਹੀ ਫਲੋਰਿੰਗ, ਪੇਂਟਿੰਗ, ਬਿਜਲੀ ਅਤੇ ਲੱਕੜੀ ਦੇ ਕੰਮ ਦੀ ਵਿਵਸਥਾ ਕੀਤੀ ਜਾਵੇਗੀ। 

 

ਸੁਨੀਲ ਜਾਖੜ ਨੇ ਕਿਹਾ : ਡੱਲੇਵਾਲ ਦੀ ਸਿਹਤ ਨਾਲ ਹੋ ਰਿਹੈ ਖਿਲਵਾੜ 

ਚੰਡੀਗੜ੍ਹ/ਬਿਊਰੋ ਨਿਊਜ਼ 

ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 28ਵੇਂ ਦਿਨ ਵੀ ਜਾਰੀ ਰਿਹਾ। ਧਿਆਨ ਰਹੇ ਕਿ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਵੀ ਹੁਣ ਚਿੰਤਾਜਨਕ ਹੋ ਰਹੀ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਡੱਲੇਵਾਲ ਨੂੰ ਮਿਲਣ ਤਾਂ ਜਾ ਰਹੇ ਹਨ, ਪਰ ਮਸਲੇ ਦਾ ਹੱਲ ਨਿਕਲਦਾ ਦਿਖਾਈ ਨਹੀਂ ਦੇ ਰਿਹਾ। ਇਸੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਨਾਲ ਖਿਲਵਾੜ ਹੋ ਰਿਹਾ ਹੈ ਤੇ ਉਨ੍ਹਾਂ ਦੀ ਵਿਗੜ ਰਹੀ ਸਿਹਤ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਡੱਲੇਵਾਲ ਨੂੰ ਮਿਲਣ ਜਾ ਰਹੇ ਆਗੂਆਂ ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਕਿਸੇ ਨੂੰ ਵੀ ਉਨ੍ਹਾਂ ਦੀ ਕੋਈ ਚਿੰਤਾ ਨਹੀਂ ਹੈ ਤੇ ਨਾ ਹੀ ਕਿਸੇ ਆਗੂ ਨੇ ਉਨ੍ਹਾਂ ਨੂੰ ਮਰਨ ਵਰਤ ਖਤਮ ਕਰਨ ਲਈ ਨਹੀਂ ਕਿਹਾ ਹੈ। ਜਾਖੜ ਨੇ ਅੱਗੇ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਬਹੁਤ ਕੀਮਤੀ ਹੈ ਅਤੇ ਪਹਿਲਾਂ ਸਾਰੇ ਉਨ੍ਹਾਂ ਦੀ ਜਾਨ ਬਚਾਉਣ ਵੱਲ ਧਿਆਨ ਦੇਣ। 

ਲਾਈਵ ਕਨਸਰਟ ਲਈ ਭਰੇ 20 ਲੱਖ ਰੁਪਏ

ਲੁਧਿਆਣਾ/ਬਿਊਰੋ ਨਿਊਜ਼

ਲੁਧਿਆਣਾ ਵਿਚ 31 ਦਸੰਬਰ ਦੀ ਨਾਈਟ ਸਮੇਂ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨਵੇਂ ਸਾਲ ਦਾ ਜਸ਼ਨ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਫੁੱਟਬਾਲ ਮੈਦਾਨ ਵਿਚ ਲਾਈਵ ਕਨਸਰਟ ਆਯੋਜਿਤ ਕਰਕੇ ਮਨਾਉਣਗੇ। ਮੁੰਬਈ ਤੋਂ ਦਿਲਜੀਤ ਦੀ ਟੀਮ ਲੁਧਿਆਣਾ ਵਿਖੇ ਪਹੁੰਚ ਚੁੱਕੀ ਹੈ ਅਤੇ ਪੋ੍ਰਗਰਾਮ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਦਿਲਜੀਤ ਦੇ ਸ਼ੋਅ ਨੂੰ ਪ੍ਰਸ਼ਾਸਨਿਕ ਰੂਪ ਨਾਲ ਮਨਜੂਰੀ ਵੀ ਮਿਲ ਚੁੱਕੀ ਹੈ। ਇਸਦੇ ਚੱਲਦਿਆਂ ਦਿਲਜੀਤ ਨੇ ਪੂਰੇ ਸ਼ੋਅ ਲਈ ਪ੍ਰਸ਼ਾਸਨ ਨੂੰ 20 ਲੱਖ 65 ਹਜ਼ਾਰ ਰੁਪਏ ਦਿੱਤੇ ਹਨ। ਇਸੇ ਦੌਰਾਨ 31 ਦਸੰਬਰ ਨੂੰ ਲੁਧਿਆਣਾ ਸ਼ਹਿਰ ਵਿਚ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਕਮਿਸ਼ਨਰ ਖੁਦ ਲਗਾਤਾਰ ਐਗਰੀਕਲਚਰ ਯੂਨੀਵਰਸਿਟੀ ਦਾ ਦੌਰਾ ਕਰ ਰਹੇ ਹਨ। ਉਧਰ ਦੂਜੇ ਪਾਸੇ ਦਿਲਜੀਤ ਦੇ ਸ਼ੋਅ ਨੂੰ ਲੈ ਕੇ ਸ਼ਹਿਰ ਵਿਚ ਟਿਕਟਾਂ ਦੀ ਬਲੈਕ ਵੀ ਸ਼ੁਰੂ ਹੋ ਚੁੱਕੀ ਹੈ ਅਤੇ ਕਈ ਗੁਣਾਂ ਜ਼ਿਆਦਾ ਰੇਟ ’ਤੇ ਟਿਕਟ ਵੇਚੀਆਂ ਜਾ ਰਹੀਆਂ ਹਨ। ਇਸ ਸ਼ੋਅ ਵਿਚ 60 ਤੋਂ 70 ਹਜ਼ਾਰ ਤੱਕ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। 

 

ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਲਈ ਭਲਕੇ ਸ਼ਨੀਵਾਰ ਨੂੰ ਵੋਟਾਂ ਪੈਣੀਆਂ ਹਨ। ਵੋਟਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਜਾਵੇਗਾ ਅਤੇ ਸ਼ਾਮ 4 ਵਜੇ ਤੱਕ ਚੱਲੇਗਾ। ਸਿਆਸੀ ਪਾਰਟੀਆਂ ਨੇ 5 ਨਗਰ ਨਿਗਮਾਂ ਅੰਮਿ੍ਰਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿਚ ਚੋਣਾਂ ਜਿੱਤਣ ਲਈ ਪੂਰਾ ਜ਼ੋਰ ਲਗਾਇਆ ਹੈ। ਇਸ ਤੋਂ ਇਲਾਵਾ 41 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵੀ ਭਲਕੇ ਸ਼ਨੀਵਾਰ ਨੂੰ ਹੀ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਨੂੰ ਜਿੱਤਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਵੀ ਕੀਤੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਵੋਟਾਂ ਮੰਗੀਆਂ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਅਮਨ ਅਰੋੜਾ ਲਈ ਵੀ ਇਹ ਚੋਣਾਂ ਵੱਕਾਰ ਦਾ ਸਵਾਲ ਬਣੀਆਂ ਹੋਈਆਂ ਹਨ ਕਿਉਂਕਿ ਉਨ੍ਹਾਂ ਦੀ ਅਗਵਾਈ ਵਿਚ ਇਹ ਪਹਿਲੀਆਂ ਚੋਣਾਂ ਹਨ। ਉਧਰ ਦੂਜੇ ਪਾਸੇ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਵੀ ਆਪੋ ਆਪਣੇ ਉਮੀਦਵਾਰਾਂ ਲਈ ਡਟ ਕੇ ਚੋਣ ਪ੍ਰਚਾਰ ਕੀਤਾ ਹੈ, ਪਰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਇਨ੍ਹਾਂ ਚੋਣਾਂ ਤੋਂ ਦੂਰ ਹੀ ਰਹੇ ਹਨ।  

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਜਾਰੀ

ਸੰਗਰੂਰ/ਬਿਊਰੋ ਨਿਊਜ਼ 

ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਜਾਰੀ ਰਿਹਾ। ਧਿਆਨ ਰਹੇ ਕਿ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਵੀ ਹੁਣ ਬਹੁਤ ਜ਼ਿਆਦਾ ਚਿੰਤਾਜਨਕ ਹੋ ਰਹੀ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਡੱਲੇਵਾਲ ਨੂੰ ਮਿਲਣ ਤਾਂ ਜਾ ਰਹੇ ਹਨ, ਪਰ ਮਸਲੇ ਦਾ ਹੱਲ ਨਿਕਲਦਾ ਦਿਖਾਈ ਨਹੀਂ ਦੇ ਰਿਹਾ। ਇਸਦੇ ਚੱਲਦਿਆਂ ਅੰਮਿ੍ਰਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪਹੁੰਚੇ। ਔਜਲਾ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸੰਬੰਧੀ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਕਿਸਾਨ ਆਗੂਆਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਦੇ ਕਿਸਾਨਾਂ ਪ੍ਰਤੀ ਬੇਰੁਖੀ ਵਾਲੇ ਰੱਵਈਏ ਦੀ ਸਖਤ ਅਲੋਚਨਾ ਕੀਤੀ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖਤਮ ਕਰਵਾਉਣ ਦੀ ਅਪੀਲ ਵੀ ਕੀਤੀ ਹੈ।

 

ਕੇਂਦਰ ਦੀ ਮੰਡੀਕਰਨ ਨੀਤੀ ਬਾਰੇ ਵੀ ਹੋਏਗੀ ਚਰਚਾ

ਚੰਡੀਗੜ੍ਹ/ਬਿਊਰੋ ਨਿਊਜ਼

ਜਲੰਧਰ/ਬਿਊਰੋ ਨਿਊਜ਼ 

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਭਲਕੇ 18 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਚਰਚਾ ਕੀਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਜੋ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹੋਏ ਹਨ, ਉਨ੍ਹਾਂ ਦੀ ਸਿਹਤ ਕਾਫੀ ਨਾਜ਼ੁਕ ਬਣੀ ਹੋਈ ਹੈ। ਜਿਸ ਕਰਕੇ ਸਾਰੀਆਂ ਕਿਸਾਨ ਜਥੇਬੰਦੀਆਂ, ਜੋ ਇਸ ਅੰਦੋਲਨ ਤੋਂ ਬਾਹਰ ਸਨ, ਉਨ੍ਹਾਂ ਜਥੇਬੰਦੀਆਂ ਨੇ ਹੁਣ ਚੱਲ ਰਹੇ ਕਿਸਾਨ ਅੰਦੋਲਨ ਦਾ ਸਮਰਥਨ ਕਰਨਾ ਸ਼ੁਰੂ ਕਰ ਦਿੱਤਾ ਹੈ। ਰਾਜੇਵਾਲ ਨੇ ਦੱਸਿਆ ਕਿ ਮੀਟਿੰਗ ਵਿਚ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਫਸਲ ਮੰਡੀਕਰਨ ਨੀਤੀ ਦੇ ਖਰੜੇ ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਸੇ ਮਾਮਲੇ ਸਬੰਧੀ 19 ਦਸੰਬਰ ਨੂੰ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਰਾਏ ਜਾਣਨਗੇ।

ਜਨਵਰੀ ਦੇ ਪਹਿਲੇ ਹਫਤੇ ਅਕਾਲੀ ਦਲ ਬੁਲਾਏਗਾ ਬੈਠਕ

ਚੰਡੀਗੜ੍ਹ/ਬਿਊਰੋ ਨਿਊਜ਼

ਸ੍ਰੀ ਅਕਾਲ ਤਖਤ ਸਾਹਿਬ ਦੇ ਨਿਰਦੇਸ਼ਾਂ ਦੇ ਤਹਿਤ ਸੁਖਬੀਰ ਸਿੰਘ ਬਾਦਲ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਦਿੱਤੇ ਅਸਤੀਫੇ ਨੂੰ ਲੈ ਕੇ ਅਕਾਲੀ ਦਲ ਜਲਦ ਫੈਸਲਾ ਲੈ ਸਕਦਾ ਹੈ। ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਜਨਵਰੀ ਮਹੀਨੇ ਦੇ ਪਹਿਲੇ ਹਫਤੇ ਵਿਚ ਬੁਲਾਈ ਜਾ ਸਕਦੀ ਹੈ। ਇਹ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਇਹ ਵੀ ਦੱਸਿਆ ਕਿ ਸੁਖਬੀਰ ਬਾਦਲ ਚਾਹੁੰਦੇ ਸਨ ਕਿ ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਦੁਬਾਰਾ ਚੋਣ ਕਰਵਾਈ ਜਾਵੇ ਅਤੇ ਚੁਣਾਵੀ ਪ੍ਰਕਿਰਿਆ ਨਾਲ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਜਾਏ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਨੇ ਵੀ ਹੁਣ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਇਸ ’ਤੇ ਫੈਸਲਾ ਲੈਣ ਲਈ ਕਿਹਾ ਹੈ ਅਤੇ ਉਸ ਸਬੰਧੀ ਰਿਪੋਰਟ ਸੌਂਪਣ ਨੂੰ ਕਿਹਾ ਹੈ। ਇਸਦੇ ਚੱਲਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੁਣ ਕੋਰ ਕਮੇਟੀ ਦੀ ਬੈਠਕ ਜਨਵਰੀ ਮਹੀਨੇ ਦੇ ਪਹਿਲੇ ਹਫਤੇ ਬੁਲਾਈ ਜਾ ਸਕਦੀ ਹੈ। ਬੈਠਕ ਵਿਚ ਫੈਸਲਾ ਲਿਆ ਜਾਵੇਗਾ ਕਿ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜੂਰ ਕੀਤਾ ਜਾਏ ਜਾਂ ਉਸ ਨੂੰ ਲੈ ਕੇ ਕੋਈ ਇਕੱਤਰਤਾ ਬੁਲਾਈ ਜਾਏ।  

 

ਅਰਬ ਦੇਸ਼ਾਂ ਵਿੱਚੋਂ ਪਰਤੀਆਂ ਲੜਕੀਆਂ ਨੇ ਕੀਤੇ ਕਈ ਖੁਲਾਸੇ

ਜਲੰਧਰ/ਬਿਊਰੋ ਨਿਊਜ਼ 

ਅਰਬ ਦੇਸ਼ਾਂ ਵਿੱਚੋਂ ਪਰਤੀਆਂ ਸੱਤ ਲੜਕੀਆਂ ਵਿੱਚੋਂ ਦੋ ਨੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ ਹੈ। ਇਨ੍ਹਾਂ ਲੜਕੀਆਂ ਨੇ ਦੱਸਿਆ ਕਿ ਉੱਥੇ ਉਨ੍ਹਾਂ ਉੱਪਰ ਮਾਨਸਿਕ ਅਤੇ ਸਰੀਰਕ ਤਸ਼ੱਦਦ ਕੀਤਾ ਜਾਂਦਾ ਸੀ। ਇਨ੍ਹਾਂ ਲੜਕੀਆਂ ਨੇ ਹੋਰ ਵੀ ਕਈ ਖੁਲਾਸੇ ਕੀਤੇ ਹਨ। ਟਰੈਵਲ ਏਜੰਟ ਹੁਣ ਦਿੱਲੀ ਦੀ ਥਾਂ ਮੁੰਬਈ ਰਾਹੀਂ ਅਰਬ ਦੇਸ਼ਾਂ ਨੂੰ ਲੜਕੀਆਂ ਭੇਜਦੇ ਹਨ। ਸੰਤ ਸੀਚੇਵਾਲ ਨੇ ਇਰਾਕ ਅਤੇ ਮਸਕਟ ਵਿੱਚੋਂ ਆਈਆਂ ਇਨ੍ਹਾਂ ਲੜਕੀਆਂ ਦੀਆਂ ਤਕਲੀਫਾਂ ਸੁਣਨ ਮਗਰੋਂ ਮੋਗਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਪੀੜਤ ਲੜਕੀਆਂ ਵੱਲੋਂ ਦਿੱਤੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਨ। ਸੀਚੇਵਾਲ ਨੇ ਕਿਹਾ ਕਿ ਜਦੋਂ ਤੱਕ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਮਨੁੱਖੀ ਤਸਕਰੀ ਨੂੰ ਠੱਲ੍ਹ ਨਹੀਂ ਪੈ ਸਕਦੀ ਹੈ। ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰਾਲੇ ਤੇ ਭਾਰਤੀ ਦੂਤਾਵਾਸ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਨਾਲ ਇਹ ਲੜਕੀਆਂ ਘਰ ਪਰਤ ਸਕੀਆਂ ਹਨ।

ਸੰਸਦ ਮੈਂਬਰ ਔਜਲਾ ਨੂੰ ਪੰਜਾਬ, ਚੰਡੀਗੜ੍ਹ ਤੇ ਜੰਮੂ ਕਸ਼ਮੀਰ ਦਾ ਕਨਵੀਨਰ ਬਣਾਇਆ

ਅੰਮਿ੍ਰਤਸਰ/ਬਿਊਰੋ ਨਿਊਜ਼  

ਕਾਂਗਰਸ ਪਾਰਟੀ ਦੇ ਸੰਸਦੀ ਦਲ ਵੱਲੋਂ ਅੰਮਿ੍ਰਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਪੰਜਾਬ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਨਿਯੁਕਤੀ ਲਈ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਔਜਲਾ ਨੇ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਦੇਸ਼ ਦਾ ਵਿਕਾਸ ਉਨ੍ਹਾਂ ਦਾ ਸੁਫਨਾ ਹੈ। ਔਜਲਾ ਨੇ ਕਿਹਾ ਕਿ ਕਨਵੀਨਰ ਨਿਯੁਕਤ ਕਰਨ ਲਈ ਕਾਂਗਰਸ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਕੀਤਾ ਹੈ, ਉਹ ਉਸ ਉੱਪਰ ਖਰੇ ਉਤਰਨ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਸੰਵਿਧਾਨ ਦੀ ਰਾਖੀ ਲਈ ਕੰਮ ਕਰਦੀ ਰਹੇਗੀ ਅਤੇ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਖੜ੍ਹੀ ਰਹੇਗੀ।

ਧਾਮੀ ਨੇ ਬੀਬੀ ਜਗੀਰ ਕੌਰ ਪ੍ਰਤੀ ਹਲਕੀ ਸ਼ਬਦਾਵਲੀ ਦੀ ਕੀਤੀ ਸੀ ਵਰਤੋਂ

ਚੰਡੀਗੜ੍ਹ/ਬਿਊਰੋ ਨਿਊਜ਼   

ਪੰਜਾਬ ਮਹਿਲਾ ਕਮਿਸ਼ਨ ਦੇ ਸੰਮਣ ਮਿਲਣ ਤੋਂ ਬਾਅਦ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਚੰਡੀਗੜ੍ਹ ਪਹੁੰਚੇ। ਧਿਆਨ ਰਹੇ ਕਿ ਲੰਘੇ ਸ਼ਨੀਵਾਰ ਨੂੰ ਧਾਮੀ ਵਲੋਂ ਬੀਬੀ ਜਗੀਰ ਕੌਰ ਦੇ ਖਿਲਾਫ ਹਲਕੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ। ਮਾਮਲਾ ਮੀਡੀਆ ਵਿਚ ਆਉਣ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਇਸ ’ਤੇ ਕਾਰਵਾਈ ਕਰਦੇ ਹੋਏ ਐਡਵੋਕੇਟ ਧਾਮੀ ਨੂੰ ਜਵਾਬ ਦੇਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਮਹਿਲਾ ਕਮਿਸ਼ਨ ਨੂੰ ਆਪਣਾ ਜਵਾਬ ਸੌਂਪਿਆ ਅਤੇ ਦੱਸਿਆ ਕਿ ਉਨ੍ਹਾਂ ਕੋਲੋਂ ਗਲਤੀ ਹੋਈ ਹੈ ਅਤੇ ਇਸਦੇ ਲਈ ਉਹ ਮਾਫੀ ਮੰਗਦੇ ਹਨ। ਉਧਰ ਦੂਜੇ ਪਾਸੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਇਹ ਮਾਮਲਾ ਸਿਰਫ ਮਾਫੀ ਮੰਗਣ ਨਾਲ ਖਤਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜਲਦਬਾਜ਼ੀ ਵਿਚ ਉਹ ਗੱਲ ਬਾਹਰ ਆਉਂਦੀ ਹੈ ਜੋ ਦਿਲ ਵਿਚ ਹੁੰਦੀ ਹੈ। ਰਾਜ ਲਾਲੀ ਗਿੱਲ ਨੇ ਕਿਹਾ ਕਿ ਉਹ ਬੀਬੀ ਜਗੀਰ ਕੌਰ ਦਾ ਵੀ ਪੱਖ ਸੁਣਨਗੇ ਅਤੇ ਇਸ ਤੋਂ ਬਾਅਦ ਹੀ ਕਾਰਵਾਈ ਅੱਗੇ ਵਧਾਈ ਜਾਵੇਗੀ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.