Friday, 17 April 2026

ਧੋਖੇਬਾਜ਼ ਟਰੈਵਲ ਏਜੰਟਾਂ ਤੋਂ ਸਾਵਧਾਨ ਰਹਿਣ ਦੀ ਅਪੀਲ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਹੇਰਾਫੇਰੀਆਂ ਕਰਨ ਵਾਲੇ 25 ਟਰੈਵਲ ਏਜੰਟਾਂ ਖਿਲਾਫ ਕੇਸ ਦਰਜ ਕੀਤੇ ਹਨ। ਇਸਦੇ ਨਾਲ ਹੀ ਪੁਲਿਸ ਨੇ ਬਿਨਾਂ ਲਾਇਸੈਂਸ ਤੋਂ ਸੋਸ਼ਲ ਮੀਡੀਆ ’ਤੇ ਇਸ਼ਤਿਹਾਰਬਾਜ਼ੀ ਕਰਕੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਲਾਲਚ ਦੇਣ ਵਾਲਿਆਂ ਵਿਰੁੱਧ ਵੀ 20 ਕੇਸ ਦਰਜ ਕੀਤੇ ਹਨ। ਇਹ ਕਾਰਵਾਈ ਪੰਜਾਬ ਪੁਲਿਸ ਦੇ ਐੱਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਕੀਤੀ ਹੈ। ਪੁਲਿਸ ਨੇ ਲੁਧਿਆਣਾ ਦੇ 6, ਜਲੰਧਰ ਤੇ ਅੰਮਿ੍ਰਤਸਰ ਦੇ 5-5, ਹੁਸ਼ਿਆਰਪੁਰ ਦੇ ਤਿੰਨ, ਮੁਹਾਲੀ ਤੇ ਸੰਗਰੂਰ ਦੇ 2-2, ਪਟਿਆਲਾ ਅਤੇ ਕਪੂਰਥਲਾ ਦੇ ਇਕ-ਇਕ ਟਰੈਵਲ ਏਜੰਟ ਵਿਰੁੱਧ ਕੇਸ ਦਰਜ ਕੀਤੇ ਹਨ। ਐੱਨਆਰਆਈ ਮਾਮਲਿਆਂ ਦੇ ਏਡੀਜੀਪੀ ਪ੍ਰਵੀਨ ਕੇ. ਸਿਨਹਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸੂਬੇ ਵਿੱਚ ਗੈਰ-ਕਾਨੂੰਨੀ ਟਰੈਵਲ ਏਜੰਟਾਂ ਅਤੇ ਬਿਨਾਂ ਲਾਇਸੈਂਸ ਤੋਂ ਵਿਦੇਸ਼ ਭੇਜਣ ਬਾਰੇ ਸੋਸ਼ਲ ਮੀਡੀਆ ’ਤੇ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨਾਲ ਧੋਖਾਧੜੀ ਦੀਆਂ ਘਟਨਾਵਾਂ ਵਾਪਰ ਰਹੀਆਂ ਸਨ। ਇਸੇ ਨੂੰ ਵੇਖਦਿਆਂ ਸੂਬੇ ਵਿੱਚ ਚੈਕਿੰਗ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਬਿਨਾਂ ਲਾਇਸੈਂਸਾਂ ਤੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ ’ਤੇ ਇਸ਼ਤਿਹਾਰ ਦੇਣ ਵਾਲਿਆਂ ਵਿਰੁੱਧ ਵੀ ਕੇਸ ਦਰਜ ਕੀਤਾ ਹੈ। ਸਿਨਹਾ ਨੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਟਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਜ਼ਰੂਰ ਕੀਤੀ ਜਾਵੇ।

 

ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਹੋਏ ਖੱਜਲ ਖੁਆਰ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਭਰ ਵਿੱਚ 2500 ਤੋਂ ਵੱਧ ਸਰਕਾਰੀ ਡਾਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ  ਅੱਜ ਸੋਮਵਾਰ ਨੂੰ ਤਿੰਨ ਘੰਟੇ ਲਈ ਹੜਤਾਲ ਕੀਤੀ, ਜਿਸ ਕਾਰਨ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ’ਚ ਸਿਹਤ ਸੇਵਾਵਾਂ ਪ੍ਰਭਾਵਿਤ ਹੋਈਆਂ। ਡਾਕਟਰਾਂ ਦੀਆਂ ਮੰਗਾਂ ਵਿੱਚ ਕਰੀਅਰ ਪ੍ਰੋਗਰੈਸ਼ਨ ਸਕੀਮ ਬਹਾਲ ਕਰਨੀ ਤੇ ਸੁਰੱਖਿਆ ਮਾਪਦੰਡ ਯਕੀਨੀ ਬਣਾਉਣੇ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਵੱਲੋਂ ਇਸ ਹੜਤਾਲ ਦੇ ਦਿੱਤੇ ਸੱਦੇ ਤਹਿਤ 11 ਸਤੰਬਰ ਤੱਕ ਸਵੇਰੇ 8 ਵਜੇ ਤੋਂ 11 ਵਜੇ ਤੱਕ ਤਿੰਨ ਘੰਟੇ ਲਈ ਓਪੀਡੀ ਸੇਵਾਵਾਂ ਬੰਦ ਰੱਖੀਆਂ ਜਾਣਗੀਆਂ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਖਿਲ ਸਰੀਨ ਨੇ ਦੱਸਿਆ ਕਿ ਇਸ ਹੜਤਾਲ ਤਹਿਤ 9 ਤੋਂ 11 ਸਤੰਬਰ ਤੱਕ ਓਪੀਡੀ ਸੇਵਾਵਾਂ ਸਵੇਰੇ 8 ਤੋਂ 11 ਵਜੇ ਤੱਕ ਬੰਦ ਰੱਖੀਆਂ ਜਾਣਗੀਆਂ ਜੋ ਕਿ 11 ਵਜੇ ਤੋਂ 2 ਵਜੇ ਤੱਕ ਚੱਲਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨ ਦਿਨਾਂ ਵਿੱਚ ਸਿਰਫ ਸਿਜ਼ੇਰੀਅਨ ਅਤੇ ਐਮਰਜੈਂਸੀ ਸੇਵਾਵਾਂ ਹੀ ਜਾਰੀ ਰਹਿਣਗੀਆਂ। ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਸਰਕਾਰ ਨੇ ਡਾਕਟਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਮੁਕੰਮਲ ਤੌਰ ’ਤੇ ਹੜਤਾਲ ਕੀਤੀ ਜਾਵੇਗੀ। 

 

 

ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਦੱਸਿਆ ਵਿਸ਼ਨੂੰ ਦਾ ਅਵਤਾਰ

ਅੰਮਿ੍ਰਤਸਰ/ਬਿਊਰੋ ਨਿਊਜ਼

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਲਾਲਪੁਰਾ ਦੇ ਬਿਆਨ ’ਤੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ। ਇਕਬਾਲ ਸਿੰਘ ਲਾਲਪੁਰਾ ’ਤੇ ਦਿੱਲੀ ਵਿਚ ਇਕ ਸਮਾਗਮ ਦੌਰਾਨ ਸਿੱਖਾਂ ਪ੍ਰਤੀ ਮਨਘੜਤ ਬਿਆਨਬਾਜ਼ੀ ਕਰਨ ਦਾ ਆਰੋਪ ਲਗਾਇਆ ਗਿਆ ਹੈ। ਦੱਸਿਆ ਗਿਆ ਕਿ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ ਹੈ। ਐਸਜੀਪੀਸੀ ਦੇ ਪ੍ਰਧਾਨ ਧਾਮੀ ਨੇ ਕਿਹਾ ਕਿ ਲਾਲਪੁਰਾ ਦਾ ਇਹ ਬਿਆਨ ਆਰ.ਐਸ.ਐਸ. ਅਤੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਖੁਸ਼ ਕਰਨ ਲਈ ਇਕ ਸ਼ਰਾਰਤ ਹੈ। ਧਾਮੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ ਕੀਤੀ ਕਿ ਲਾਲਪੁਰਾ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿਚ ਅਜਿਹੀ ਸਿੱਖ ਵਿਰੋਧੀ ਬਿਆਨਬਾਜ਼ੀ ’ਤੇ ਰੋਕ ਲੱਗ ਸਕੇ। ਉਧਰ ਦੂੁਜੇ ਪਾਸੇ ਇਕਬਾਲ ਸਿੰਘ ਲਾਲਪੁਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। 

 

ਰੰਧਾਵਾ ਨੇ ਭਗਵੰਤ ਮਾਨ ਦੀ ਸਰਕਾਰ ਨੂੰ ਵੀ ਦੱਸਿਆ ਜੁਮਲੇਬਾਜ਼

ਪਠਾਨਕੋਟ/ਬਿਊਰੋ ਨਿਊਜ਼

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੋ ਵੀ ਆਗੂ ਕਾਂਗਰਸ ਨੂੰ ਛੱਡ ਕੇ ਗਏ ਸਨ, ਉਨ੍ਹਾਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਈ ਸੀਨੀਅਰ ਕਾਂਗਰਸੀ ਆਗੂ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਰੰਧਾਵਾ ਨੇ ਕਿਹਾ ਕਿ ਕਾਂਗਰਸ ਛੱਡ ਕੇ ਦੂਜੀਆਂ ਪਾਰਟੀਆਂ ’ਚ ਗਏ ਆਗੂ ਹੁਣ ਪਛਤਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀ ਵਾਰ ਭਾਜਪਾ ਦਾ ਸੰਸਦ ਵਿੱਚ ਬਹੁਮਤ ਸੀ ਜਿਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਆਸੀ ਮਨਮਾਨੀਆਂ ਕੀਤੀਆਂ ਪਰ ਹੁਣ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨੂੰ ਅਜਿਹਾ ਕੁਝ ਨਹੀਂ ਕਰਨ ਦੇਣਗੇ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਉੱਪਰ ਵੀ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਇਹ ਸਰਕਾਰ ਵੀ ਜੁਮਲੇਬਾਜ਼ੀ ਵਾਲੀ ਸਰਕਾਰ ਹੋ ਨਿੱਬੜੀ ਹੈ। ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਹ ਸਭ ਜਾਣ ਚੁੱਕੇ ਹਨ ਕਿ ਇਸ ਸਰਕਾਰ ਦੇ ਪੱਲੇ ਕੁਝ ਵੀ ਨਹੀਂ ਹੈ।

 

ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸਬੰਧਤ ਮੁੱਦੇ ਉਠਾਏ

ਨਵੀਂ ਦਿੱਲੀ/ਬਿਊਰੋ ਨਿਊਜ਼

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੰਗਲਵਾਰ ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ ਹੈ। ਇਸ ਦੌਰਾਨ ਧਾਲੀਵਾਲ ਨੇ ਪੰਜਾਬ ਅਤੇ ਖਾਸ ਕਰਕੇ ਆਪਣੇ ਵਿਧਾਨ ਸਭਾ ਹਲਕੇ ਅਜਨਾਲਾ ਨਾਲ ਸਬੰਧਤ ਮੁੱਦਿਆਂ ਨੂੰ ਕੇਂਦਰੀ ਮੰਤਰੀ ਦੇ ਧਿਆਨ ਵਿਚ ਲਿਆਂਦਾ। ਧਾਲੀਵਾਲ ਨੇ ਅਜਨਾਲਾ ਦੇ ਸਰਹੱਦੀ ਖੇਤਰ ਬੱਲੜਵਾਲ ਤੱਕ ਰੇਲਵੇ ਲਾਈਨ ਦੇ ਵਿਸਥਾਰ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਸਬਾ ਰਮਦਾਸ ਦੇ ਰੇਲਵੇ ਸਟੇਸ਼ਨ ਨੂੰ ਵੀ ਬਾਬਾ ਬੁੱਢਾ ਸਾਹਿਬ ਦਾ ਨਾਮ ਦਿੱਤਾ ਜਾਵੇ। ਧਾਲੀਵਾਲ ਨੇ ਇਹ ਵੀ ਮੰਗ ਰੱਖੀ ਕਿ ਡੇਰਾ ਬਾਬਾ ਨਾਨਕ ਜਾਣ ਵਾਲੀ ਰੇਲ ਗੱਡੀ ਵਿਚ ਏ.ਸੀ. ਕੋਚ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ। ਮੀਟਿੰਗ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੇਂਦਰੀ ਮੰਤਰੀ ਰਵਨੀਤ ਬਿੱਟੂ ਨਾਲ ਚੰਗੇ ਮਾਹੌਲ ਵਿਚ ਗੱਲਬਾਤ ਹੋਈ ਹੈ ਅਤੇ ਕੇਂਦਰੀ ਮੰਤਰੀ ਨੇ ਇਹ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ।  

 

ਹਰਜੋਤ ਬੈਂਸ ਖਿਲਾਫ ਕਰੋੜਾਂ ਦੇ ਘਪਲੇ ’ਚ ਸ਼ਮੂਲੀਅਤ ਦੇ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼

ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਪੰਜਾਬ ਦੇ ਮੌਜੂਦਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ’ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਬੈਂਸ ਖ਼ਿਲਾਫ਼ 100 ਕਰੋੜ ਰੁਪਏ ਦੇ ਸਾਈਬਰ ਘਪਲੇ ’ਚ ਸ਼ਮੂਲੀਅਤ ਦੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਕੀ ਇਹ ਪੈਸਾ ਚੋਣਾਂ ਦੌਰਾਨ ਵਰਤਿਆ ਗਿਆ? ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਮੰਗ ਕੀਤੀ ਹੈ ਕਿ ਉਹ ਬੈਂਸ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਮਾਮਲੇ ਦੀ ਨਿਰਪੱਖ ਜਾਂਚ ਕਰਾਉਣ। ਇਸਦੇ ਨਾਲ ਹੀ ਹਰਜੋਤ ਸਿੰਘ ਬੈਂਸ ਦੀ ਪਤਨੀ ਐਸ.ਐਸ.ਪੀ. ਜੋਤੀ ਯਾਦਵ ਨੂੰ ਵੀ ਕੇਸ ਦੀ ਜਾਂਚ ਦੌਰਾਨ ਲਾਈਨ ਹਾਜ਼ਰ ਕਰਨ ਦੀ ਮੰਗ ਕਰਦੇ ਹੋਏ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਵੀ ਕੀਤੀ ਹੈ।

 

 

17 ’ਚੋਂ 12 ਸਾਬਕਾ ਅਕਾਲੀ ਮੰਤਰੀਆਂ ਨੇ ਦੇ ਦਿੱਤੇ ਹਨ ਸਪੱਸ਼ਟੀਕਰਨ

ਅੰਮਿ੍ਰਤਸਰ/ਬਿਊਰੋ ਨਿਊਜ਼   

ਲੰਘੀ 30 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਸੀ। ਇਸ ਇਕੱਤਰਤਾ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਤ 17 ਸਾਬਕਾ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਸ ਆਦੇਸ਼ ਨੂੰ ਸਵੀਕਾਰ ਕਰਦਿਆਂ ਪਿਛਲੇ ਦਿਨੀਂ ਅਕਾਲੀ ਦਲ ਦੇ 10 ਸਾਬਕਾ ਮੰਤਰੀਆਂ ਨੇ ਆਪੋ-ਆਪਣੇ ਸਪਸ਼ਟੀਕਰਨ ਦੇ ਦਿੱਤੇ ਸਨ। ਅੱਜ ਮੰਗਲਵਾਰ ਨੂੰ ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਨੇ ਵੀ ਆਪਣੇ ਸਪੱਸ਼ਟਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪ ਦਿੱਤੇ ਹਨ। ਇਸ ਤੋਂ ਪਹਿਲਾਂ ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸੁੱਚਾ ਸਿੰਘ ਲੰਗਾਹ, ਮਨਪ੍ਰੀਤ ਸਿੰਘ ਬਾਦਲ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਅਤੇ ਸੋਹਣ ਸਿੰਘ ਠੰਡਲ ਨੇ ਵੀ ਆਪਣਾ-ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪ ਦਿੱਤਾ ਸੀ। ਅਜੇ ਤੱਕ ਸਾਬਕਾ ਮੰਤਰੀ ਬੀਬੀ ਉਪਿੰਦਰਜੀਤ ਕੌਰ, ਜਨਮੇਜਾ ਸਿੰਘ ਸੇਖੋਂ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਹੀਰਾ ਸਿੰਘ ਗਾਬੜੀਆ ਅਤੇ ਸੁਰਜੀਤ ਸਿੰਘ ਰੱਖੜਾ ਦੇ ਸਪੱਸ਼ਟੀਕਰਨਾਂ ਦੀ ਉਡੀਕ ਕੀਤੀ ਜਾ ਰਹੀ ਹੈ। 

 

 

7 ਸਾਬਕਾ ਅਕਾਲੀ ਮੰਤਰੀ ਦੇ ਚੁੱਕੇ ਹਨ ਆਪਣਾ-ਆਪਣਾ ਸਪੱਸ਼ਟੀਕਰਨ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਪਿਆਰਿਆਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸੁੱਚਾ ਸਿੰਘ ਲੰਗਾਹ ਨੇ ਵੀ ਅੱਜ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਆਪੋ-ਆਪਣੇ ਸਪਸ਼ਟੀਕਰਨ ਸੌਂਪ ਦਿੱਤੇ ਹਨ। ਜ਼ਿਕਰਯੋਗ ਹੈ ਕਿ 2007 ਤੋਂ 2017 ਤੱਕ ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਪੰਥ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਵਾਪਰੀਆਂ ਘਟਨਾਵਾਂ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਦੌਰਾਨ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਇਸਦੇ ਨਾਲ ਹੀ ਉਸ ਸਮੇਂ ਦੇ 17 ਅਕਾਲੀ ਮੰਤਰੀਆਂ ਕੋਲੋਂ ਵੀ 15 ਦਿਨਾਂ ਦੇ ਅੰਦਰ-ਅੰਦਰ ਸਪੱਸ਼ਟੀਕਰਨ ਮੰਗਿਆ ਗਿਆ ਹੈ। ਧਿਆਨ ਰਹੇ ਕਿ ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਬਿਕਰਮ ਸਿੰਘ ਮਜੀਠੀਆ ਵਲੋਂ ਵੀ ਆਪਣਾ-ਆਪਣਾ ਸਪੱਸ਼ਟੀਕਰਨ ਅਕਾਲ ਤਖਤ ਸਾਹਿਬ ਦੇ ਦਫਤਰ ਵਿਖੇ ਸੌਂਪ ਦਿੱਤਾ ਗਿਆ ਹੈ। ਹੁਣ ਤੱਕ 7 ਸਾਬਕਾ ਅਕਾਲੀ ਮੰਤਰੀ ਆਪੋ-ਆਪਣਾ ਸਪੱਸ਼ਟੀਕਰਨ ਸੌਂਪ ਚੁੱਕੇ ਹਨ ਅਤੇ ਬਾਕੀਆਂ ਦੇ ਸਪੱਸ਼ਟੀਕਰਨ ਦੀ ਉਡੀਕ ਕੀਤੀ ਜਾ ਰਹੀ ਹੈ।   

 

 

ਮੰਡੀ ਬੋਰਡ ਵੀ ਨਿਗਰਾਨੀ ਲਈ ਬਣਾਏਗਾ ਕੰਟਰੋਲ ਰੂਮ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਖੇਤੀ ਅਤੇ ਕਿਸਾਨ ਕਲਿਆਣ ਵਿਭਾਗ ਨੇ ਸਾਉਣੀ ਦੇ ਸੀਜ਼ਨ ਵਿਚ ਪਰਾਲੀ ਦੇ ਪ੍ਰਬੰਧਨ ਦੇ ਲਈ ਐਕਸ਼ਨ ਪਲਾਨ ਤਿਆਰ ਕੀਤਾ ਹੈ, ਜਿਸ ਨੂੰ ਸੂਬਾ ਸਰਕਾਰ ਨੇ ਜਾਰੀ ਵੀ ਕਰ ਦਿੱਤਾ ਹੈ। ਇਸਦੇ ਤਹਿਤ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਜਿਸ ਤਹਿਤ ਪਰਾਲੀ ਦਾ ਪ੍ਰਦੂਸ਼ਣ ਰੋਕਣ ਲਈ ਹਰ ਪਿੰਡ ਵਿਚ ਨੋਡਲ ਅਧਿਕਾਰੀ ਤਾਇਨਾਤ ਕੀਤਾ ਜਾਵੇਗਾ। ਪਰਾਲੀ ਦੇ ਪ੍ਰਬੰਧਨ ਲਈ ਪਿੰਡਾਂ ਵਿਚ ਕਾਰਵਾਈ ਦੀ ਜ਼ਿੰਮੇਵਾਰੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਦਿੱਤੀ ਗਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਜੇਕਰ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਵਿਭਾਗ ਵਲੋਂ ਸਬੰਧਤ ਪਿੰਡ ਦੇ ਪੰਚਾਇਤ ਮੈਂਬਰਾਂ ਦੇ ਖਿਲਾਫ ਉਚਿਤ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਵਲੋਂ ਵੀ ਇਕ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ। ਮੰਡੀ ਬੋਰਡ ਪੂਰੇ ਸੂਬੇ ਵਿਚ ਪਲਾਨ ਨੂੰ ਲਾਗੂ ਕਰਨ ਦੇ ਲਈ ਨੋਡਲ ਏਜੰਸੀ ਦੇ ਰੂਪ ਵਿਚ ਕੰਮ ਕਰੇਗਾ ਅਤੇ ਪੂਰੇ ਅਭਿਆਨ ਦੀ ਨਿਗਰਾਨੀ ਵੀ ਕਰੇਗਾ। ਨਾਲ ਹੀ ਮੰਡੀ ਬੋਰਡ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਨਜ਼ਰ ਵੀ ਰੱਖੇਗਾ।

ਸ਼੍ਰੋਮਣੀ ਅਕਾਲੀ ਦਲ ਦਾ ਤਾਕਤਵਰ ਹੋਣਾ ਬੇਹੱਦ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ 

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਪੰਜਾਬ, ਪੰਜਾਬੀਅਤ ਅਤੇ ਸਿੱਖ ਪੰਥ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਹਾਲਤ ’ਤੇ ਚਿੰਤਾ ਵੀ ਪ੍ਰਗਟਾਈ। ਉਨ੍ਹਾਂ ਅਕਾਲੀ ਦਲ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਤਿਆਗ ਦੀ ਭਾਵਨਾ ਦਿਖਾਉਣ। ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਦੇਸ਼ ਅੰਦਰ ਘੱਟ ਗਿਣਤੀਆਂ ਨਿਸ਼ਾਨੇ ’ਤੇ ਹਨ ਅਤੇ ਖਾਸ ਤੌਰ ’ਤੇ ਸਿੱਖਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਬੱਚਿਆਂ ਨੂੰ ਪ੍ਰੀਖਿਆਵਾਂ ਵਿੱਚ ਬੈਠਣ ਤੋਂ ਪਹਿਲਾਂ ਉਨ੍ਹਾਂ ਦੇ ਸ਼ਸਤਰ ਉਤਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਸਤਰ ਸਿੱਖਾਂ ਲਈ ਗਹਿਣੇ ਨਹੀਂ, ਸਗੋਂ ਧਾਰਮਿਕ ਚਿੰਨ੍ਹ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਵੀ ਸਿੱਖਾਂ ਖਿਲਾਫ ਸਿਰਜੇ ਜਾ ਰਹੇ ਬਿਰਤਾਂਤ ਦਾ ਹੀ ਨਤੀਜਾ ਹੈ। ਉਨ੍ਹਾਂ ਇਸ ਫਿਲਮ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। 

 

17 ’ਚੋਂ 10 ਸਾਬਕਾ ਅਕਾਲੀ ਮੰਤਰੀਆਂ ਨੇ ਦੇ ਦਿੱਤੇ ਹਨ ਆਪੋ-ਆਪਣੇ ਸਪੱਸ਼ਟੀਕਰਨ

ਅੰਮਿ੍ਰਤਸਰ/ਬਿਊਰੋ ਨਿਊਜ਼   

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲੰਘੀ 30 ਅਗਸਤ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ ਸ਼ੋ੍ਰਮਣੀ ਅਕਾਲੀ ਦਲ ਦੇ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ। ਇਸ ਆਦੇਸ਼ ਨੂੰ ਮੰਨਦਿਆਂ ਪਿਛਲੇ ਦਿਨੀਂ ਅਕਾਲੀ ਦਲ ਦੇ 7 ਸਾਬਕਾ ਮੰਤਰੀਆਂ ਨੇ ਆਪੋ-ਆਪਣੇ ਸਪਸ਼ਟੀਕਰਨ ਦਿੱਤੇ ਸਨ। ਇਸਦੇ ਚੱਲਦਿਆਂ ਅੱਜ ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਅਤੇ ਸੋਹਣ ਸਿੰਘ ਠੰਡਲ ਨੇ ਵੀ ਆਪਣਾ-ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸੁੱਚਾ ਸਿੰਘ ਲੰਗਾਹ ਅਤੇ ਮਨਪ੍ਰੀਤ ਸਿੰਘ ਬਾਦਲ ਆਪੋ-ਆਪਣਾ ਸਪੱਸ਼ਟੀਕਰਨ ਅਕਾਲ ਤਖਤ ਸਾਹਿਬ ਵਿਖੇ ਸੌਂਪ ਚੁੱਕੇ ਹਨ। ਅਜੇ ਤੱਕ ਸਾਬਕਾ ਮੰਤਰੀ ਬੀਬੀ ਉਪਿੰਦਰਜੀਤ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜੀਆ, ਸਰਵਨ ਸਿੰਘ ਫਿਲੌਰ, ਸਿਕੰਦਰ ਸਿੰਘ ਮਲੂਕਾ ਅਤੇ ਸੁਰਜੀਤ ਸਿੰਘ ਦੇ ਸਪੱਸ਼ਟੀਕਰਨਾਂ ਦੀ ਉਡੀਕ ਕੀਤੀ ਜਾ ਰਹੀ ਹੈ। 

 

ਬੀਬੀ ਜਗੀਰ ਕੌਰ ਨੇ ਬਾਦਲ ਪਰਿਵਾਰ ’ਤੇ ਚੁੱਕੇ ਸਵਾਲ

ਕਿਹਾ : ਅਕਾਲੀ ਦਲ ’ਚ ਮੇਰੀ ਆਵਾਜ਼ ਨੂੰ ਦਬਾ ਕੇ ਰੱਖਿਆ ਗਿਆ

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਵਿਚ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰ ਚੁੱਕੇ ਅਤੇ ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਾਦਲ ਪਰਿਵਾਰ ’ਤੇ ਕਈ ਸਵਾਲ ਚੁੱਕੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ 2007 ਤੋਂ ਲੈ ਕੇ 2017 ਤੱਕ ਅਕਾਲੀ ਵਜ਼ਾਰਤ ਵੇਲੇ ਸਿਰਫ 16 ਦਿਨ ਹੀ ਮੰਤਰੀ ਰਹੇ ਸਨ।  ਇਨ੍ਹਾਂ 16 ਦਿਨਾਂ ਦੌਰਾਨ ਉਸ ਵੇਲੇ ਦੀ ਅਕਾਲੀ ਸਰਕਾਰ ਨੇ ਨਾ ਤਾਂ ਕੋਈ ਫੈਸਲਾ ਲਿਆ ਸੀ ਅਤੇ ਨਾ ਹੀ ਕੋਈ ਫੈਸਲਾ ਵਿਚਾਰਿਆ ਗਿਆ ਸੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਬਤੌਰ ਪਾਰਟੀ ਦੀ ਸੇਵਾਦਾਰ, ਉਹ ਆਪਣੀ ਆਵਾਜ਼ ਬੁਲੰਦ ਕਰਦੀ ਰਹੀ, ਪਰ ਬਾਦਲ ਪਰਿਵਾਰ ਦੀ ਪਾਰਟੀ ’ਤੇ ਪਕੜ ਮਜ਼ਬੂਤ ਹੋਣ ਕਾਰਨ ਉਨ੍ਹਾਂ ਦੀ ਹਰ ਕੋਸ਼ਿਸ਼ ਨੂੰ ਵਿਰੋਧੀ ਭੂਮਿਕਾ ਦੇ ਤੌਰ ’ਤੇ ਦਰਜ ਕੀਤਾ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਲੈ ਕੇ ਪਹੁੰਚੇ ਸਨ। 

ਮੰਤਰੀ ਮੰਡਲ ਨੇ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾਇਆ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਅੱਜ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਮੰਤਰੀ ਮੰਡਲ ਨੇ ਪੈਟਰੋਲ ਉੱਤੇ 61 ਪੈਸੇ ਅਤੇ ਡੀਜ਼ਲ ਉੱਤੇ 92 ਪੈਸੇ ਵੈਟ ਵਧਾ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਵਾਧੇ ਨਾਲ ਸੂਬਾ ਸਰਕਾਰ ਨੂੰ ਡੀਜ਼ਲ ਤੋਂ 392 ਕਰੋੜ ਰੁਪਏ ਅਤੇ ਪੈਟਰੋਲ ਤੋਂ 150 ਕਰੋੜ ਰੁਪਏ ਟੈਕਸ ਦਾ ਵਾਧਾ ਹੋਵੇਗਾ। ਉਧਰ ਦੂਜੇ ਪਾਸੇ ਪੰਜਾਬ ਦੀਆਂ ਹੋਰ ਸਿਆਸੀ ਪਾਰਟੀਆਂ ਵਲੋਂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਵਿਚ ਪੈਟਰੋਲ ਅਤੇ ਡੀਜ਼ਲ ’ਤੇ ਵਧਾਏ ਵੈਟ ਨੂੰ ਲੈ ਕੇ ਸਰਕਾਰ ਦੀ ਆਲੋਚਨਾ ਕੀਤੀ ਜਾ ਰਹੀ ਹੈ।  

 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.