Friday, 17 April 2026

 

ਭਾਰਤੀ ਚੋਣ ਕਮਿਸ਼ਨ ਨੇ ਜਾਰੀ ਕੀਤੇ ਨਿਰਦੇਸ਼

ਚੰਡੀਗੜ੍ਹ/ਬਿਊਰੋ ਨਿਉਜ਼

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ। ਇਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਬਟਾਲਾ ਵਿਧਾਨ ਸਭਾ ਸੀਟ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜਨ ਵਾਲੇ ਸੁੱਚਾ ਸਿੰਘ ਛੋਟੇਪੁਰ ਨੂੰ ਵੀ ਅਯੋਗ ਕਰਾਰ ਦਿੱਤਾ ਗਿਆ ਹੈ।

 

ਪੰਜਾਬ ਦੇ ਪਿੰਡਾਂ ’ਚ ਨਸ਼ਿਆਂ ਦੀ ਰੋਕਥਾਮ ਲਈ ਕਮੇਟੀਆਂ ਦਾ ਕੀਤਾ ਗਿਆ ਗਠਨ 

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਵਿਚ ਨਸ਼ਿਆਂ ਦੀ ਰੋਕਥਾਮ ਨੂੰ ਲੈ ਕੇ ਸਖਤੀ ਕਰ ਦਿੱਤੀ ਹੈ। ਡੀਜੀਪੀ ਨੇ ਪੰਜਾਬ ਦੀ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਜਨਤਾ ਦੀ ਲੜਾਈ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ’ਤੇ ਰੋਕ ਲਗਾਉਣ ਲਈ ਸੂਬਾ ਪੁਲਿਸ ਵਲੋਂ ਪਿੰਡਾਂ ਵਿਚ ਵਿਲੇਜ਼ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ 93 ਫੀਸਦੀ ਪਿੰਡਾਂ ਵਿਚ ਇਹ ਕੰਮ ਮੁਕੰਮਲ ਵੀ ਹੋ ਚੁੱਕਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 17 ਜੂਨ ਨੂੰ ਹਾਈ ਲੈਵਲ ਰੀਵਿਊ ਕਮੇਟੀ ਦੀ ਬੈਠਕ ਸੱਦੀ ਸੀ, ਜਿਸ ਵਿਚ 3 ਸੂਤਰੀ ਰਣਨੀਤੀ ਬਣਾ ਕੇ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਸਨ। ਇਸ ਫੈਸਲੇ ਤੋਂ ਬਾਅਦ ਹੀ ਵਿਲੇਜ਼ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਵਲੋਂ ਨਸ਼ਿਆਂ ਸਬੰਧੀ ਪੁਲਿਸ ਨੂੰ ਜੋ ਵੀ ਸੂਚਨਾ ਦਿੱਤੀ ਜਾਵੇਗੀ, ਉਸਦੇ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ।  

ਪਰਮਿੰਦਰ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ’ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਲਗਾਏ ਆਰੋਪ

ਲੌਂਗੋਵਾਲ/ਬਿਊਰੋ ਨਿਊਜ਼ 

ਸ਼ੋ੍ਰਮਣੀ ਅਕਾਲੀ ਦਲ ਦੇ ਨਰਾਜ਼ ਆਗੂ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਆਰੋਪ ਲਗਾਏ ਹਨ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਅਕਾਲੀ ਅਸੂਲਾਂ, ਸਿੱਖ ਸਿਧਾਤਾਂ ਤੇ ਰਵਾਇਤਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾਅ ਸਕੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਅਣਗਹਿਲੀ ਕਾਰਨ ਅਕਾਲੀ ਦਲ ਦਿਨੋਂ-ਦਿਨ ਕਮਜ਼ੋਰ ਹੁੰਦਾ ਗਿਆ। ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਅਕਾਲੀ ਸੋਚ ਵਾਲੇ ਲੋਕ ਅੱਜ ਵੀ ਪੰਥ ਤੇ ਪੰਜਾਬ ਦੀ ਸ਼ਾਨ ਲਈ ਸੇਵਾ ਕਰਨ ਦੇ ਇੱਛੁਕ ਹਨ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਪੰਥ ਤੇ ਪੰਜਾਬ ਨੂੰ ਜਲਦੀ ਹੀ ਇੱਕ ਅਜਿਹੀ ਲੀਡਰਸ਼ਿਪ ਦੇਵੇਗੀ ਜੋ ਸਿੱਖ ਸਿਆਸਤ ਅੰਦਰ ਸਾਰਿਆਂ ਦਾ ਵਿਸ਼ਵਾਸ ਮੋੜ ਲਿਆਵੇਗੀ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਰਮਿੰਦਰ ਸਿੰਘ ਢੀਂਡਸਾ ਸਣੇ 8 ਸੀਨੀਅਰ ਅਕਾਲੀ ਆਗੂਆਂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਸੀ। ਇਸ ਦੇ ਚੱਲਦਿਆਂ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਇਨ੍ਹਾਂ ਸਾਰੇ 8 ਆਗੂਆਂ ਦੀ ਮੁਅੱਤਲੀ ਰੱਦ ਕਰ ਦਿੱਤੀ ਸੀ ਤੇ ਇਸ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਦੀ ਵੀ ਅਕਾਲੀ ਦਲ ਵਿਚੋਂ ਛੁੱਟੀ ਕਰ ਦਿੱਤੀ ਗਈ ਸੀ। 

 

 

ਪਰਮਿੰਦਰ ਸਿੰਘ ਢੀਂਡਸਾ ਸਣੇ 8 ਅਕਾਲੀ ਆਗੂਆਂ ਦੀ ਪਾਰਟੀ ’ਚੋਂ ਕੀਤੀ ਗਈ ਹੈ ਛੁੱਟੀ

ਚੰਡੀਗੜ੍ਹ/ਬਿਊਰੋ ਨਿਊਜ਼ 

ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪਾਂ ਤਹਿਤ ਪਾਰਟੀ ’ਚੋਂ ਕੱਢੇ ਗਏ ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸਵਾਲ ਚੁੱਕੇ ਹਨ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਤੋਂ ਅਕਾਲੀ ਹੋਣ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਢੀਂਡਸਾ ਨੇ ਕਿਹਾ ਕਿ ਉਹ ਅਕਾਲੀ ਹਨ ਅਤੇ ਅਕਾਲੀ ਹੀ ਰਹਿਣਗੇ। ਢੀਂਡਸਾ ਨੇ ਕਿਹਾ ਕਿ ਇਹ ਪਾਰਟੀ ਹੁਣ ਬਾਦਲ ਕੰਪਨੀ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸਾਡਾ ਮਿਸ਼ਨ ਅਕਾਲੀ ਦਲ ਨੂੰ ਬਚਾਉਣਾ ਹੈ ਅਤੇ ਇਸ ਲਈ ਹੀ ਅਸੀਂ ਅਕਾਲੀ ਦਲ ਸੁਧਾਰ ਲਹਿਰ ਸ਼ੁਰੂ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਅਸੀਂ ਸੁਖਬੀਰ ਬਾਦਲ ਦੇ ਗੁਲਾਮ ਨਹੀਂ ਬਣਾਂਗੇ। ਉਨ੍ਹਾਂ ਕਿਹਾ ਕਿ ਅਸੀਂ ਇੱਜ਼ਤ ਨਾਲ ਸਿਆਸਤ ਕੀਤੀ ਹੈ ਅਤੇ ਇੱਜ਼ਤ ਨਾਲ ਹੀ ਸਿਆਸਤ ਕਰਾਂਗੇ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਰਮਿੰਦਰ ਸਿੰਘ ਢੀਂਡਸਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਸਿਕੰਦਰ ਸਿੰਘ ਮਲੂਕਾ, ਸੁਰਿੰਦਰ ਸਿੰਘ ਠੇਕੇਦਾਰ, ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਬਰਾੜ ਨੂੰ ਪਾਰਟੀ ਵਿਚੋਂ ਬਰਖਾਸਤ ਕਰ ਦਿੱਤਾ ਸੀ। ਇਨ੍ਹਾਂ ਸਾਰੇ ਆਗੂਆਂ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪ ਲਗਾਏ ਗਏ ਹਨ।  

 

ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੇ ਅਕਾਲੀ ਸਰਕਾਰ ਕੋਲੋਂ ਹੋਈਆਂ ਸਾਰੀਆਂ ਭੁੱਲਾਂ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ

ਅੰਮਿ੍ਰਤਸਰ/ਬਿਊਰੋ ਨਿਊਜ਼

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸੌਂਪੇ ਗਏ ਸਪੱਸ਼ਟੀਕਰਨ ਨੂੰ ਜਨਤਕ ਕਰ ਦਿੱਤਾ ਗਿਆ ਹੈ। ਇਸ ਸਪੱਸ਼ਟੀਕਰਨ ਨੂੰ ਜਨਤਕ ਕੀਤੇ ਜਾਣ ਤੋਂ ਬਾਅਦ ਇਹ ਗੱਲ ਸਪਸ਼ਟ ਹੋ ਗਈ ਹੈ ਕਿ ਸੁਖਬੀਰ ਬਾਦਲ ਨੇ 2007 ਤੋਂ ਲੈ ਕੇ ਅਕਤੂਬਰ 2015 ਤੱਕ ਪਾਰਟੀ ਅਤੇ ਅਕਾਲੀ ਸਰਕਾਰ ਕੋਲੋਂ ਹੋਈਆਂ ਭੁੱਲਾਂ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ ਹੈ। ਸੁਖਬੀਰ ਬਾਦਲ ਵਲੋਂ ਦਿੱਤੇ ਗਏ ਸਪੱਸ਼ਟੀਕਰਨ ਵਿਚ ਉਨ੍ਹਾਂ ਨੇ ਅਕਾਲੀ ਸਰਕਾਰ ਵੇਲੇ ਸਮੁੱਚੀ ਪਾਰਟੀ, ਪਾਰਟੀ ਦੇ ਆਗੂਆਂ ਅਤੇ ਹੋਰਨਾਂ ਵਲੋਂ ਹੋਈਆਂ ਭੁੱਲਾਂ ਚੁੱਕਾਂ, ਗਲਤੀਆਂ ਨੂੰ ਆਪਣੀ ਝੋਲੀ ਵਿਚ ਪਾਇਆ ਅਤੇ ਕਿਹਾ ਕਿ ਅਣਜਾਣੇ ਵਿਚ ਹੋਈਆਂ ਇਨ੍ਹਾਂ ਭੁੱਲਾਂ ਦੀ ਉਹ ਖਿਮਾ ਯਾਚਨਾ ਕਰਦੇ ਹਨ। ਇਸ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਜੋ ਵੀ ਫੈਸਲਾ ਕੀਤਾ ਜਾਵੇਗਾ, ਉਹ ਉਨ੍ਹਾਂ ਨੂੰ ਪ੍ਰਵਾਨ ਹੋਵੇਗਾ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਕੁਝ ਨਰਾਜ਼ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਅਕਾਲ ਤਖਤ ਸਾਹਿਬ ’ਤੇ ਤਲਬ ਵੀ ਕੀਤਾ ਗਿਆ ਸੀ। ਇਸਦੇ ਚੱਲਦਿਆਂ ਸੁਖਬੀਰ ਸਿੰਘ ਬਾਦਲ ਅਤੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਪੱਸ਼ਟੀਕਰਨ ਸੌਂਪਿਆ ਗਿਆ ਸੀ।  

 

ਮੁੱਖ ਮੰਤਰੀ ਭਗਵੰਤ ਮਾਨ ਵੀ ਸਹੁੰ ਚੁੱਕ ਸਮਾਗਮ ’ਚ ਰਹੇ ਹਾਜ਼ਰ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਬੁੱਧਵਾਰ ਨੂੰ ਅਹੁਦੇ ਦੀ ਸਹੁੰ ਚੁੱਕ ਲਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਨੇ ਕਟਾਰੀਆ ਨੂੰ ਰਾਜਪਾਲ ਅਹੁਦੇ ਦੀ ਸਹੁੰ ਚੁਕਾਈ। ਕਟਾਰੀਆ ਪੰਜਾਬ ਦੇ ਰਾਜਪਾਲ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਦਾ ਕੰਮਕਾਜ ਵੀ ਦੇਖਣਗੇ। ਇਸ ਸਹੁੰ ਚੁੱਕ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਰੇਅ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਹਾਜ਼ਰ ਰਹੇ। ਹਰਪਾਲ ਚੀਮਾ ਨੇ ਨਵੇਂ ਰਾਜਪਾਲ ਕਟਾਰੀਆ ਦੇ ਪੈਰੀਂ ਹੱਥ ਲਗਾ ਕੇ ਅਸ਼ੀਰਵਾਦ ਵੀ ਲਿਆ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਰਾਜਪਾਲ ਬੀ.ਐਲ. ਪੁਰੋਹਿਤ ਅਤੇ ਸੀਐਮ ਭਗਵੰਤ ਮਾਨ ਵਿਚਾਲੇ ਲੰਮਾ ਸਮਾਂ ਸਿਆਸੀ ਟਕਰਾਅ ਚੱਲਦਾ ਰਿਹਾ ਅਤੇ ਦੋਵੇਂ ਇਕ ਦੂਜੇ ਦੇ ਖਿਲਾਫ ਬਿਆਨਬਾਜ਼ੀ ਵੀ ਕਰਦੇ ਰਹੇ। ਇਸਦੇ ਚੱਲਦਿਆਂ ਬੀਐਲ ਪੁਰੋਹਿਤ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕੁਝ ਦਿਨ ਪਹਿਲਾਂ ਰਾਸ਼ਟਰਪਤੀ ਨੇ ਬੀਐਲ ਪੁਰੋਹਿਤ ਦਾ ਅਸਤੀਫਾ ਮਨਜੂਰ ਕਰ ਲਿਆ ਸੀ ਅਤੇ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਬਣਾ ਦਿੱਤਾ ਗਿਆ ਹੈ।

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰ ਦਿੱਤਾ ਹੈ। ਪੁਲਿਸ ਤੋਂ ਬਾਅਦ ਹੁਣ 9 ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਸ ਦੇ ਚੱਲਦਿਆਂ ਆਲੋਕ ਸ਼ੇਖਰ ਐਡੀਸ਼ਨਲ ਚੀਫ ਸੈਕਟਰੀ ਜੇਲ੍ਹਾਂ ਲਗਾਏ ਗਏ ਹਨ, ਜਦੋਂ ਕਿ ਤੇਜਬੀਰ ਸਿੰਘ ਐਡੀਸ਼ਨਲ ਚੀਫ ਸੈਕਟਰੀ ਸਥਾਨਕ ਸਰਕਾਰਾਂ ਹੋਣਗੇ। ਇਸੇ ਤਰ੍ਹਾਂ ਅਜੇ ਸ਼ਰਮਾ ਨੂੰ ਪਿ੍ਰੰਸੀਪਲ ਸੈਕਟਰੀ ਟੂਰਿਜ਼ਮ ਐਂਡ ਕਲਚਰ ਅਫੇਅਰ ਲਗਾਇਆ ਗਿਆ ਹੈ। ਕੁਮਾਰ ਰਾਹੁਲ ਐਡਮਨਿਸਟ੍ਰੇਟਿਵ ਹੈਲਥ ਐਂਡ ਫੈਮਿਲੀ ਵੈਲਫੇਅਰ, ਅਮਿਤ ਢਾਕਾ ਐਡਮਨਿਸਟ੍ਰੇਟਿਵ ਸੈਕਟਰੀ ਪਲਾਨਿੰਗ ਅਤੇ ਡਾਇਰੈਕਟਰ ਐਮਜੀਐਸ ਆਈਪੀਏ, ਦਿਲਰਾਜ ਸਿੰਘ ਐਡਮਨਿਸਟ੍ਰੇਟਿਵ ਸੈਕਟਰੀ ਰੂਰਲ ਡਿਵੈਲਪਮੈਂਟ ਐਂਡ ਪੰਚਾਇਤ, ਪ੍ਰਦੀਪ ਕੁਮਾਰ ਕਮਿਸ਼ਨਰ ਜਲੰਧਰ ਡਿਵੀਜ਼ਨ ਅਤੇ ਗੁਰਪ੍ਰੀਤ ਕੌਰ ਸਪਰਾ ਨੂੰ ਸੈਕਟਰੀ ਪਰਸੋਨਲ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਮੁਹਾਲੀ ਦੀ ਅਦਾਲਤ ਨੇ ਸੁਣਾਇਆ ਫੈਸਲਾ

ਮੁਹਾਲੀ/ਬਿਊਰੋ ਨਿਊਜ਼  

ਛੇ ਹਜ਼ਾਰ ਕਰੋੜ ਰੁਪਏ ਦੀ ਇੰਟਰਨੈਸ਼ਨਲ ਡਰੱਗ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਅਦਾਲਤ ਨੇ ਪੰਜਾਬ ਪੁਲਿਸ ਦੇ ਬਰਖਾਸਤ ਡੀਐਸਪੀ ਜਗਦੀਸ਼ ਭੋਲਾ ਸਣੇ 17 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਸਜ਼ਾ ਸੁਣਾਈ ਹੈ। ਇਹ ਸਜ਼ਾ ਮੁਹਾਲੀ ਦੀ ਅਦਾਲਤ ਵਲੋਂ ਸੁਣਾਈ ਗਈ ਹੈ। ਜਗਦੀਸ਼ ਭੋਲਾ ਅਤੇ ਇਕ ਦੋਸ਼ੀ ਨੂੰ 10 - 10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਜਿਨ੍ਹਾਂ ਵਿਅਕਤੀਆਂ ਨੂੰ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਵਿਚ ਜਗਦੀਸ਼ ਭੋਲਾ ਦੀ ਪਤਨੀ ਅਤੇ ਸਹੁਰਾ ਵੀ ਸ਼ਾਮਲ ਹੈ, ਉਨ੍ਹਾਂ ਨੂੰ 3-3 ਸਾਲ ਦੀ ਸਜ਼ਾ ਹੋਈ ਹੈ। ਇਸੇ ਤਰ੍ਹਾਂ ਕੁਝ ਹੋਰ ਦੋਸ਼ੀ ਵਿਅਕਤੀਆਂ ਨੂੰ 5-5 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ ਸਾਲ 2013 ਵਿਚ ਸਾਹਮਣੇ ਆਇਆ ਸੀ, ਜਦੋਂ ਪੰਜਾਬ ਪੁਲਿਸ ਨੇ ਡਰੱਗ ਤਸਕਰੀ ਮਾਮਲੇ ਵਿਚ ਜਗਦੀਸ਼ ਭੋਲਾ ਨੂੰ ਗਿ੍ਰਫਤਾਰ ਕੀਤਾ ਸੀ। ਇਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਵੀ ਭੂਚਾਲ ਆ ਗਿਆ ਸੀ ਅਤੇ ਸੂੁਬੇ ਦੇ ਕਈ ਆਗੂਆਂ ’ਤੇ ਸਵਾਲ ਉਠੇ ਸਨ। ਜ਼ਿਕਰਯੋਗ ਹੈ ਕਿ ਸੰਘੀ ਜਾਂਚ ਏਜੰਸੀ ਨੇ 2015 ਵਿਚ 24 ਵਿਅਕਤੀਆਂ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਸੀ। ਇਨ੍ਹਾਂ ਵਿਚੋਂ 7 ਵਿਅਕਤੀਆਂ ਨੂੰ ਭਗੌੜਾ ਐਲਾਨਿਆ ਗਿਆ ਸੀ। 

 

 

ਚੰਡੀਗੜ੍ਹ/ਬਿਊਰੋ ਨਿਊਜ਼

ਚੰਡੀਗੜ੍ਹ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ 60 ਦੇ ਦਹਾਕੇ ਤੋਂ ਬਾਅਦ ਪਹਿਲੀ ਵਾਰ ਕੋਈ ਲਗਾਤਾਰ ਤੀਜੀ ਵਾਰ ਭਾਰਤ ਦਾ ਪ੍ਰਧਾਨ ਮੰਤਰੀ ਬਣਿਆ ਹੈ। ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੰਮ ਕੇ ਤਾਰੀਫ ਕੀਤੀ। ਅਮਿਤ ਸ਼ਾਹ ਨੇ ਕਿਹਾ ਕਿ ਵਿਰੋਧੀ ਧਿਰ ਜੋ ਮਰਜ਼ੀ ਕਹੇ, 2029 ਵਿੱਚ ਵੀ ਭਾਰਤ ’ਚ ਭਾਜਪਾ ਦੀ ਹੀ ਸਰਕਾਰ ਆਵੇਗੀ। ਅਮਿਤ ਸ਼ਾਹ ਨੇ ਚੰਡੀਗੜ੍ਹ ਦੇ ਮਨੀਮਾਜਰਾ ਵਿੱਚ 24 ਘੰਟੇ ਜਲ ਸਪਲਾਈ ਸੇਵਾ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤੋਂ ਇੱਕ ਲੱਖ ਲੋਕਾਂ ਨੂੰ 24 ਘੰਟੇ ਪਾਣੀ ਮਿਲੇਗਾ। ਇਸ ’ਤੇ 75 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ 22 ਕਿਲੋਮੀਟਰ ਲੰਬੀ ਨਵੀਂ ਪਾਈਪਲਾਈਨ ਵਿਛਾਈ ਗਈ ਹੈ। ਸ਼ਾਹ ਨੇ ਆਖਿਆ ਕਿ ਸਮਾਰਟ ਮੀਟਰ ਲਗਾਉਣ ਨਾਲ ਲੋਕਾਂ ਨੂੰ ਕੁਝ ਵੀ ਖਰਚ ਨਹੀਂ ਕਰਨਾ ਪਵੇਗਾ। ਉਨ੍ਹਾਂ ਨੇ ਆਪਣੇ ਸੰਬੋਧਨ ’ਚ ਚੰਡੀਗੜ੍ਹ ਦੀ ਸਾਬਕਾ ਐਮ.ਪੀ. ਕਿਰਨ ਖੇਰ ਦੀ ਤਾਰੀਫ ਵੀ ਕੀਤੀ।

2011 ਦੀਆਂ ਚੋਣਾਂ ਦੇ ਮੁਕਾਬਲੇ ਅੱਧੀ ਰਹਿ ਗਈ ਸਿੱਖ ਵੋਟਰਾਂ ਦੀ ਗਿਣਤੀ

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਲਈ ਰਜਿਸਟ੍ਰੇਸ਼ਨ ਕਰਾਉਣ ਦੀ ਆਖਰੀ ਮਿਤੀ 31 ਜੁਲਾਈ ਨਿਰਧਾਰਤ ਕੀਤੀ ਗਈ ਹੈ। ਇਸ ਵਾਰ ਰਜਿਸਟ੍ਰੇਸ਼ਨ ਕਰਾਉਣ ਵਾਲੇ ਸਿੱਖ ਵੋਟਰਾਂ ਦੀ ਗਿਣਤੀ 2011 ਵਿਚ ਹੋਈਆਂ ਐਸਜੀਪੀਸੀ ਚੋਣਾਂ ਦੇ ਮੁਕਾਬਲੇ ਕਰੀਬ ਅੱਧੀ ਰਹਿ ਗਈ ਹੈ। ਗੁਰਦੁਆਰਾ ਇਲੈਕਸ਼ਨ ਕਮਿਸ਼ਨ ਵਲੋਂ ਵੋਟਰ ਰਜਿਸਟ੍ਰੇਸ਼ਨ ਦੀ ਸਮਾਂ ਸੀਮਾ ਨੂੰ ਤਿੰਨ ਵਾਰ ਵਧਾਉਣ ਦੇ ਬਾਵਜੂਦ ਵੀ ਰਜਿਸਟਰਡ ਸਿੱਖ ਵੋਟਰਾਂ ਦੀ ਗਿਣਤੀ 50 ਫੀਸਦੀ ਤੋਂ ਜ਼ਿਆਦਾ ਨਹੀਂ ਹੋ ਰਹੀ।  ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ 25 ਜੁਲਾਈ ਤੱਕ ਰਜਿਸਟਰਡ ਸਿੱਖ ਵੋਟਰਾਂ ਦੀ ਗਿਣਤੀ 27 ਲੱਖ 87 ਹਜ਼ਾਰ ਰਹੀ, ਜਦੋਂ ਕਿ 2011 ਵਿਚ ਹੋਈਆਂ ਐਸਜੀਪੀਸੀ ਚੋਣਾਂ ਦੌਰਾਨ ਸਿੱਖ ਵੋਟਰਾਂ ਦੀ ਗਿਣਤੀ 52 ਲੱਖ ਦੇ ਕਰੀਬ ਸੀ। ਐਸਜੀਪੀਸੀ ਚੋਣਾਂ ਭਾਰਤ ਸਰਕਾਰ ਵਲੋਂ ਗਠਿਤ ਗੁਰਦੁਆਰਾ ਇਲੈਕਸ਼ਨ ਕਮਿਸ਼ਨ ਦੀ ਦੇਖ ਰੇਖ ਵਿਚ ਕਰਵਾਈਆਂ ਜਾਂਦੀਆਂ ਹਨ।   

 

 

ਪੰਜਾਬ ਦੇ ਹਵਾਈ ਅੱਡਿਆਂ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕੀਤੇ ਜਾਣ ਦੀ ਕੀਤੀ ਮੰਗ

ਜਲੰਧਰ/ਬਿਊਰੋ ਨਿਊਜ਼ 

ਭਾਰਤੀ ਸੰਸਦ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਦਿਆਂ ਨੂੰ ਬਾਖੂਬੀ ਉਭਾਰਿਆ। ਹੁਣ ਤੱਕ ਵੱਖ-ਵੱਖ ਮੰਤਰਾਲਿਆਂ ਕੋਲ ਸੰਤ ਸੀਚੇਵਾਲ ਵੱਲੋਂ ਚੁੱਕੇ ਗਏ 14 ਦੇ ਕਰੀਬ ਸਵਾਲਾਂ ਦੇ ਜਵਾਬ ਆ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਦੇ ਹਵਾਈ ਅੱਡਿਆਂ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਵੀ ਕੀਤੀ ਹੈ। ਸੀਚੇਵਾਲ ਵੱਲੋਂ ਕੀਤੇ ਗਏ ਲਿਖਤੀ ਸਵਾਲਾਂ ਵਿੱਚ ਪੰਜਾਬ ’ਚ ਪਾਣੀ ਦੇ ਸੰਕਟ ਦਾ ਮੁੱਦਾ ਵੀ ਸ਼ਾਮਲ ਹੈ। ਉਨ੍ਹਾਂ ਨੇ ਵਰਲਡ ਨੇਚਰ ਫੰਡ ਦੀ ਰਿਪੋਰਟ ਸਾਂਝੀ ਕੀਤੀ, ਜਿਸ ਅਨੁਸਾਰ 2050 ਤੱਕ ਪਾਣੀ ਦੇ ਸੰਕਟ ਦਾ ਸਾਹਮਣਾ ਕਰਨ ਵਾਲੇ 30 ਸ਼ਹਿਰਾਂ ਵਿੱਚ ਪੰਜਾਬ ਦੇ ਤਿੰਨ ਸ਼ਹਿਰ ਜਲੰਧਰ, ਲੁਧਿਆਣਾ ਅਤੇ ਅੰਮਿ੍ਰਤਸਰ ਵੀ ਸ਼ਾਮਲ ਹਨ। ਉਨ੍ਹਾਂ ਸਵਾਲ ਕੀਤਾ ਕਿ ਇਨ੍ਹਾਂ ਸ਼ਹਿਰਾਂ ਵਿੱਚ ਪਾਣੀ ਦੇ ਸੰਕਟ ਨਾਲ ਨਜਿੱਠਣ ਲਈ ਕਿਹੜੇ ਕਦਮ ਚੁੱਕੇ ਗਏ ਹਨ। ਰਾਜ ਸਭਾ ਮੈਂਬਰ ਨੇ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ, ਵਾਤਾਵਰਨ ਨੂੰ ਬਚਾਉਣ ਅਤੇ ਲੋਕ ਹਿੱਤ ਦੇ ਮੁੱਦਿਆਂ ਸਬੰਧੀ ਸਵਾਲ ਵੀ ਕੀਤੇ ਹਨ। ਇਸੇ ਤਰ੍ਹਾਂ ਉਨ੍ਹਾਂ ਪੰਜਾਬ ਅਤੇ ਦੇਸ਼ ’ਚ ਵਧ ਰਹੇ ਕੈਂਸਰ ਦੇ ਮਾਮਲਿਆਂ ਸਬੰਧੀ ਵੀ ਸਵਾਲ ਚੁੱਕੇ ਹਨ।

ਚੋਣ ਕਮਿਸ਼ਨ ਨੇ ਵਿਭਾਗ ਨੂੰ ਪੰਚਾਂ ਤੇ ਸਰਪੰਚਾਂ ਦੀਆਂ ਰਿਜ਼ਰਵ ਸੀਟਾਂ ਸਬੰਧੀ ਪ੍ਰਕਿਰਿਆ ਪੂਰੀ ਕਰਨ ਲਈ ਕਿਹਾ 

ਚੰਡੀਗੜ੍ਹ/ਬਿਊਰੋ ਨਿਊਜ਼  

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਤੋਂ ਬਾਅਦ ਪੰਜਾਬ ਵਿਚ ਪੰਚਾਇਤ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸੂਬੇ ਦੇ ਚੋਣ ਕਮਿਸ਼ਨ ਵਲੋਂ ਇਕ ਪੱਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਲਿਖਿਆ ਗਿਆ ਹੈ। ਇਸ ਪੱਤਰ ਰਾਹੀਂ ਕਿਹਾ ਗਿਆ ਹੈ ਕਿ ਭਵਿੱਖ ਵਿਚ ਹੋਣ ਵਾਲੀਆਂ ਪੰਚਾਇਤ ਚੋਣਾਂ ਲਈ ਪੰਚਾਂ ਅਤੇ ਸਰਪੰਚਾਂ ਦੀਆਂ ਸੀਟਾਂ ਨੂੰ ਰਿਜ਼ਰਵ ਕਰਨ ਸਬੰਧੀ ਪ੍ਰਕਿਰਿਆ ਨੂੰ ਪੂਰਾ ਕਰ ਲਿਆ ਜਾਵੇ। ਇਹ ਵੀ ਕਿਹਾ ਗਿਆ ਹੈ ਕਿ ਰਿਜ਼ਰਵੇਸ਼ਨ ਸਬੰਧੀ ਹਰ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਤਾਂ ਕਿ ਚੋਣਾਂ ਦੇ ਸਮੇਂ ਆਮ ਲੋਕਾਂ ਅਤੇ ਉਮੀਦਵਾਰਾਂ ਨੂੰ ਮੁਸ਼ਕਲ ਪੇਸ਼ ਨਾ ਆਵੇ। ਧਿਆਨ ਰਹੇ ਕਿ 2018 ਵਿਚ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਪੰਚਾਇਤ ਚੋਣਾਂ ਹੋਈਆਂ ਸਨ ਅਤੇ ਉਸ ਸਮੇਂ 13,276 ਸਰਪੰਚਾਂ ਅਤੇ 83,831 ਪੰਚਾਂ ਦੀ ਚੋਣ ਹੋਈ ਸੀ। ਪੰਚਾਇਤ ਵਿਭਾਗ ਵਲੋਂ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਭੰਗ ਕਰ ਦਿੱਤੀਆਂ ਗਈਆਂ ਹਨ ਅਤੇ ਹੁਣ ਕਿਸੇ ਸਮੇਂ ਵੀ ਪੰਚਾਇਤੀ ਚੋਣਾਂ ਸਬੰਧੀ ਐਲਾਨ ਹੋ ਸਕਦਾ ਹੈ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.