Tuesday, 02 June 2026

 

ਪਰਮਿੰਦਰ ਸਿੰਘ ਢੀਂਡਸਾ ਸਣੇ 8 ਅਕਾਲੀ ਆਗੂਆਂ ਦੀ ਪਾਰਟੀ ’ਚੋਂ ਕੀਤੀ ਗਈ ਹੈ ਛੁੱਟੀ

ਚੰਡੀਗੜ੍ਹ/ਬਿਊਰੋ ਨਿਊਜ਼ 

ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪਾਂ ਤਹਿਤ ਪਾਰਟੀ ’ਚੋਂ ਕੱਢੇ ਗਏ ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸਵਾਲ ਚੁੱਕੇ ਹਨ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਤੋਂ ਅਕਾਲੀ ਹੋਣ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਢੀਂਡਸਾ ਨੇ ਕਿਹਾ ਕਿ ਉਹ ਅਕਾਲੀ ਹਨ ਅਤੇ ਅਕਾਲੀ ਹੀ ਰਹਿਣਗੇ। ਢੀਂਡਸਾ ਨੇ ਕਿਹਾ ਕਿ ਇਹ ਪਾਰਟੀ ਹੁਣ ਬਾਦਲ ਕੰਪਨੀ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸਾਡਾ ਮਿਸ਼ਨ ਅਕਾਲੀ ਦਲ ਨੂੰ ਬਚਾਉਣਾ ਹੈ ਅਤੇ ਇਸ ਲਈ ਹੀ ਅਸੀਂ ਅਕਾਲੀ ਦਲ ਸੁਧਾਰ ਲਹਿਰ ਸ਼ੁਰੂ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਅਸੀਂ ਸੁਖਬੀਰ ਬਾਦਲ ਦੇ ਗੁਲਾਮ ਨਹੀਂ ਬਣਾਂਗੇ। ਉਨ੍ਹਾਂ ਕਿਹਾ ਕਿ ਅਸੀਂ ਇੱਜ਼ਤ ਨਾਲ ਸਿਆਸਤ ਕੀਤੀ ਹੈ ਅਤੇ ਇੱਜ਼ਤ ਨਾਲ ਹੀ ਸਿਆਸਤ ਕਰਾਂਗੇ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਰਮਿੰਦਰ ਸਿੰਘ ਢੀਂਡਸਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਸਿਕੰਦਰ ਸਿੰਘ ਮਲੂਕਾ, ਸੁਰਿੰਦਰ ਸਿੰਘ ਠੇਕੇਦਾਰ, ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਬਰਾੜ ਨੂੰ ਪਾਰਟੀ ਵਿਚੋਂ ਬਰਖਾਸਤ ਕਰ ਦਿੱਤਾ ਸੀ। ਇਨ੍ਹਾਂ ਸਾਰੇ ਆਗੂਆਂ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪ ਲਗਾਏ ਗਏ ਹਨ।  

 

ਸੀਐਮ ਮਾਨ ਨੇ ਗੁਲਾਬ ਚੰਦ ਕਟਾਰੀਆ ਦੀ ਨਿਯੁਕਤੀ ਦਾ ਕੀਤਾ ਸਵਾਗਤ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਨੂੰ ਨਵਾਂ ਰਾਜਪਾਲ ਮਿਲ ਗਿਆ ਹੈ। ਗੁਲਾਬ ਚੰਦ ਕਟਾਰੀਆ ਹੁਣ ਪੰਜਾਬ ਦੇ ਨਵੇਂ ਰਾਜਪਾਲ ਹੋਣਗੇ ਅਤੇ ਉਨ੍ਹਾਂ ਨੂੰ 31 ਜੁਲਾਈ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਵਲੋਂ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ। ਗੁਲਾਬ ਚੰਦ ਕਟਾਰੀਆ ਪੰਜਾਬ ਦੇ ਰਾਜਪਾਲ ਹੋਣ ਦੇ ਨਾਲ-ਨਾਲ ਯੂਟੀ ਦੇ ਪ੍ਰਸ਼ਾਸਕ ਵੀ ਹੋਣਗੇ ਅਤੇ ਉਹ ਬਨਵਾਰੀ ਲਾਲ ਪੁਰੋਹਿਤ ਦੀ ਥਾਂ ਲੈਣਗੇ। ਧਿਆਨ ਰਹੇ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਮਨਜੂਰ ਹੋ ਚੁੱਕਾ ਹੈ, ਜਿਸ ਤੋਂ ਬਾਅਦ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਪੰਜਾਬ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਅਕਸਰ ਹੀ ਮਨ ਮੁਟਾਅ ਰਿਹਾ ਹੈ। ਇਸੇ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਬਨਵਾਰੀ ਲਾਲ ਪੁਰੋਹਿਤ ਹੋਰਾਂ ਨਾਲ ਮੇਰੀ ਕੋਈ ਨਿੱਜੀ ਲੜਾਈ ਨਹੀਂ ਸੀ, ਸਿਰਫ ਸਿਲੈਕਟਿਡ ਅਤੇ ਇਲੈਕਟਿਡ ਦੇ ਦਾਇਰੇ ਨੂੰ ਲੈ ਕੇ ਮਨ ਮੁਟਾਅ ਸਨ। ਭਗਵੰਤ ਮਾਨ ਨੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਨਿਯੁਕਤੀ ਦਾ ਸਵਾਗਤ ਵੀ ਕੀਤਾ ਹੈ। 

 

ਮੁੱਖ ਮੰਤਰੀ ਭਗਵੰਤ ਮਾਨ ਵੀ ਸਹੁੰ ਚੁੱਕ ਸਮਾਗਮ ’ਚ ਰਹੇ ਹਾਜ਼ਰ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਬੁੱਧਵਾਰ ਨੂੰ ਅਹੁਦੇ ਦੀ ਸਹੁੰ ਚੁੱਕ ਲਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਨੇ ਕਟਾਰੀਆ ਨੂੰ ਰਾਜਪਾਲ ਅਹੁਦੇ ਦੀ ਸਹੁੰ ਚੁਕਾਈ। ਕਟਾਰੀਆ ਪੰਜਾਬ ਦੇ ਰਾਜਪਾਲ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਦਾ ਕੰਮਕਾਜ ਵੀ ਦੇਖਣਗੇ। ਇਸ ਸਹੁੰ ਚੁੱਕ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਰੇਅ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਹਾਜ਼ਰ ਰਹੇ। ਹਰਪਾਲ ਚੀਮਾ ਨੇ ਨਵੇਂ ਰਾਜਪਾਲ ਕਟਾਰੀਆ ਦੇ ਪੈਰੀਂ ਹੱਥ ਲਗਾ ਕੇ ਅਸ਼ੀਰਵਾਦ ਵੀ ਲਿਆ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਰਾਜਪਾਲ ਬੀ.ਐਲ. ਪੁਰੋਹਿਤ ਅਤੇ ਸੀਐਮ ਭਗਵੰਤ ਮਾਨ ਵਿਚਾਲੇ ਲੰਮਾ ਸਮਾਂ ਸਿਆਸੀ ਟਕਰਾਅ ਚੱਲਦਾ ਰਿਹਾ ਅਤੇ ਦੋਵੇਂ ਇਕ ਦੂਜੇ ਦੇ ਖਿਲਾਫ ਬਿਆਨਬਾਜ਼ੀ ਵੀ ਕਰਦੇ ਰਹੇ। ਇਸਦੇ ਚੱਲਦਿਆਂ ਬੀਐਲ ਪੁਰੋਹਿਤ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕੁਝ ਦਿਨ ਪਹਿਲਾਂ ਰਾਸ਼ਟਰਪਤੀ ਨੇ ਬੀਐਲ ਪੁਰੋਹਿਤ ਦਾ ਅਸਤੀਫਾ ਮਨਜੂਰ ਕਰ ਲਿਆ ਸੀ ਅਤੇ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਬਣਾ ਦਿੱਤਾ ਗਿਆ ਹੈ।

 

ਐਨ.ਐਸ.ਏ. ਦੀ ਮਿਆਦ ਵਧਾਉਣ ਖਿਲਾਫ ਹਾਈਕੋਰਟ ’ਚ ਪਾਈ ਸੀ ਪਟੀਸ਼ਨ

ਚੰਡੀਗੜ੍ਹ/ਬਿਊਰੋ ਨਿਊਜ਼

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਐਨ.ਐਸ.ਏ. ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹੋਈ ਹੈ। ਅੰਮਿ੍ਰਤਪਾਲ ਸਿੰਘ ਨੇ ਆਪਣੇ ’ਤੇ ਲੱਗੇ ਐਨਐਸਏ ਦੀ ਮਿਆਦ ਵਧਾਉਣ ਖਿਲਾਫ ਹਾਈਕੋਰਟ ’ਚ ਪਟੀਸ਼ਨ ਪਾਈ ਸੀ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਾਗਜ਼ਾਤ ਵਿਚ ਖਾਮੀਆਂ ਕਾਰਨ 31 ਜੁਲਾਈ ਤੱਕ ਟਾਲ ਦਿੱਤੀ ਹੈ। ਸਰਕਾਰੀ ਵਕੀਲ ਨੇ ਸੁਣਵਾਈ ਦੌਰਾਨ ਅੰਮਿ੍ਰਤਪਾਲ ਸਿੰਘ ਦੇ ਮਾਪਿਆਂ ਦੀ ਉਮਰ ਤੇ ਰਿਹਾਇਸ਼ ਸਬੰਧੀ ਕੁਝ ਖਾਮੀਆਂ ਬਾਰੇ ਦੱਸਿਆ ਜਿਸ ’ਤੇ ਅਦਾਲਤ ਨੇ ਇਹ ਖਾਮੀਆਂ ਦਰੁਸਤ ਕਰਕੇ ਲਿਆਉਣ ਲਈ ਕਿਹਾ। ਇਸ ਵੇਲੇ ਅੰਮਿ੍ਰਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਹਨ। ਦੂਜੇ ਪਾਸੇ ਅੰਮਿ੍ਰਤਪਾਲ ਸਿੰਘ ਦੇ ਵਕੀਲ ਨੇ ਜਾਣਕਾਰੀ ਦਰੁਸਤ ਕਰਨ ਲਈ ਸਮਾਂ ਮੰਗਿਆ ਹੈ। ਅੰਮਿ੍ਰਤਪਾਲ ਸਿੰਘ ਨੇ ਕੌਮੀ ਸੁਰੱਖਿਆ ਐਕਟ ਤਹਿਤ ਕੀਤੀਆਂ ਗਈਆਂ ਕਾਰਵਾਈਆਂ ਤੇ ਨਜ਼ਰਬੰਦੀ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਸਬੰਧੀ ਅਦਾਲਤ ਨਿਰਦੇਸ਼ ਜਾਰੀ ਕਰੇ। ਪਟੀਸ਼ਨ ਵਿਚ ਅੰਮਿ੍ਰਤਪਾਲ ਸਿੰਘ ਨੇ ਕਿਹਾ ਕਿ ਐੱਨਐੱਸਏ ਤਹਿਤ ਉਸਦੀ ਨਜ਼ਰਬੰਦੀ ਗੈਰ-ਕਾਨੂੰਨੀ ਹੈ ਅਤੇ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।  

  

 

ਮੁਹਾਲੀ ਦੀ ਅਦਾਲਤ ਨੇ ਸੁਣਾਇਆ ਫੈਸਲਾ

ਮੁਹਾਲੀ/ਬਿਊਰੋ ਨਿਊਜ਼  

ਛੇ ਹਜ਼ਾਰ ਕਰੋੜ ਰੁਪਏ ਦੀ ਇੰਟਰਨੈਸ਼ਨਲ ਡਰੱਗ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਅਦਾਲਤ ਨੇ ਪੰਜਾਬ ਪੁਲਿਸ ਦੇ ਬਰਖਾਸਤ ਡੀਐਸਪੀ ਜਗਦੀਸ਼ ਭੋਲਾ ਸਣੇ 17 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਸਜ਼ਾ ਸੁਣਾਈ ਹੈ। ਇਹ ਸਜ਼ਾ ਮੁਹਾਲੀ ਦੀ ਅਦਾਲਤ ਵਲੋਂ ਸੁਣਾਈ ਗਈ ਹੈ। ਜਗਦੀਸ਼ ਭੋਲਾ ਅਤੇ ਇਕ ਦੋਸ਼ੀ ਨੂੰ 10 - 10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਜਿਨ੍ਹਾਂ ਵਿਅਕਤੀਆਂ ਨੂੰ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਵਿਚ ਜਗਦੀਸ਼ ਭੋਲਾ ਦੀ ਪਤਨੀ ਅਤੇ ਸਹੁਰਾ ਵੀ ਸ਼ਾਮਲ ਹੈ, ਉਨ੍ਹਾਂ ਨੂੰ 3-3 ਸਾਲ ਦੀ ਸਜ਼ਾ ਹੋਈ ਹੈ। ਇਸੇ ਤਰ੍ਹਾਂ ਕੁਝ ਹੋਰ ਦੋਸ਼ੀ ਵਿਅਕਤੀਆਂ ਨੂੰ 5-5 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ ਸਾਲ 2013 ਵਿਚ ਸਾਹਮਣੇ ਆਇਆ ਸੀ, ਜਦੋਂ ਪੰਜਾਬ ਪੁਲਿਸ ਨੇ ਡਰੱਗ ਤਸਕਰੀ ਮਾਮਲੇ ਵਿਚ ਜਗਦੀਸ਼ ਭੋਲਾ ਨੂੰ ਗਿ੍ਰਫਤਾਰ ਕੀਤਾ ਸੀ। ਇਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਵੀ ਭੂਚਾਲ ਆ ਗਿਆ ਸੀ ਅਤੇ ਸੂੁਬੇ ਦੇ ਕਈ ਆਗੂਆਂ ’ਤੇ ਸਵਾਲ ਉਠੇ ਸਨ। ਜ਼ਿਕਰਯੋਗ ਹੈ ਕਿ ਸੰਘੀ ਜਾਂਚ ਏਜੰਸੀ ਨੇ 2015 ਵਿਚ 24 ਵਿਅਕਤੀਆਂ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਸੀ। ਇਨ੍ਹਾਂ ਵਿਚੋਂ 7 ਵਿਅਕਤੀਆਂ ਨੂੰ ਭਗੌੜਾ ਐਲਾਨਿਆ ਗਿਆ ਸੀ। 

 

 

‘ਇੰਡੀਆ’ ਬਲਾਕ 30 ਜੁਲਾਈ ਨੂੰ ਕੇਜਰੀਵਾਲ ਦੇ ਸਮਰਥਨ ’ਚ ਕਰੇਗਾ ਰੈਲੀ

ਨਵੀਂ ਦਿੱਲੀ/ਬਿਊਰੋ ਨਿਊਜ਼

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਅੱਜ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਸੰਦੀਪ ਪਾਠਕ ਨੇ ਕਿਹਾ ਕਿ ਜੇਲ੍ਹ ਵਿਚ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ 50 ਹੋ ਗਿਆ ਹੈ ਅਤੇ ਉਨ੍ਹਾਂ ਦੀ ਸਿਹਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਚੁਣੇ ਹੋਏ ਮੁੱਖ ਮੰਤਰੀ ਹਨ, ਉਨ੍ਹਾਂ ’ਤੇ ਕਈ ਲੋਕਾਂ ਦਾ ਭਰੋਸਾ ਟਿਕਿਆ ਹੋਇਆ ਹੈ ਅਤੇ ਅਜਿਹੇ ਵਿਅਕਤੀ ਨੂੰ ਜੇਲ੍ਹ ਵਿਚ ਨਹੀਂ ਰੱਖਿਆ ਜਾਣਾ ਚਾਹੀਦਾ। ਪਾਠਕ ਨੇ ਕਿਹਾ ਕਿ ਲੈਫਟੀਨੈਂਟ ਗਵਰਨਰ ਕਹਿ ਰਹੇ ਹਨ ਕਿ ਕੇਜਰੀਵਾਲ ਜਾਣ ਬੁੱਝ ਕੇ ਆਪਣੀ ਸਿਹਤ ਨਾਲ ਖਿਲਵਾੜ ਕਰ ਰਹੇ ਹਨ। ਪਾਠਕ ਨੇ ਕਿਹਾ ਕਿ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਰਾਜਪਾਲ ਨੂੰ ਕਿਸੇ ਡਾਕਟਰ ਜਾਂ ਜਾਣਕਾਰਾਂ ਦੀ ਸਲਾਹ ਲੈਣੀ ਚਾਹੀਦੀ ਹੈ। ਸੰਦੀਪ ਪਾਠਕ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੀ ਸਿਹਤ ਅਤੇ ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ‘ਇੰਡੀਆ’ ਬਲਾਕ 30 ਜੁਲਾਈ ਨੂੰ ਨਵੀਂ ਦਿੱਲੀ ਦੇ ਜੰਤਰ ਮੰਤਰ ’ਤੇ ਇਕ ਰੈਲੀ ਕਰੇਗਾ। 

2011 ਦੀਆਂ ਚੋਣਾਂ ਦੇ ਮੁਕਾਬਲੇ ਅੱਧੀ ਰਹਿ ਗਈ ਸਿੱਖ ਵੋਟਰਾਂ ਦੀ ਗਿਣਤੀ

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਲਈ ਰਜਿਸਟ੍ਰੇਸ਼ਨ ਕਰਾਉਣ ਦੀ ਆਖਰੀ ਮਿਤੀ 31 ਜੁਲਾਈ ਨਿਰਧਾਰਤ ਕੀਤੀ ਗਈ ਹੈ। ਇਸ ਵਾਰ ਰਜਿਸਟ੍ਰੇਸ਼ਨ ਕਰਾਉਣ ਵਾਲੇ ਸਿੱਖ ਵੋਟਰਾਂ ਦੀ ਗਿਣਤੀ 2011 ਵਿਚ ਹੋਈਆਂ ਐਸਜੀਪੀਸੀ ਚੋਣਾਂ ਦੇ ਮੁਕਾਬਲੇ ਕਰੀਬ ਅੱਧੀ ਰਹਿ ਗਈ ਹੈ। ਗੁਰਦੁਆਰਾ ਇਲੈਕਸ਼ਨ ਕਮਿਸ਼ਨ ਵਲੋਂ ਵੋਟਰ ਰਜਿਸਟ੍ਰੇਸ਼ਨ ਦੀ ਸਮਾਂ ਸੀਮਾ ਨੂੰ ਤਿੰਨ ਵਾਰ ਵਧਾਉਣ ਦੇ ਬਾਵਜੂਦ ਵੀ ਰਜਿਸਟਰਡ ਸਿੱਖ ਵੋਟਰਾਂ ਦੀ ਗਿਣਤੀ 50 ਫੀਸਦੀ ਤੋਂ ਜ਼ਿਆਦਾ ਨਹੀਂ ਹੋ ਰਹੀ।  ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ 25 ਜੁਲਾਈ ਤੱਕ ਰਜਿਸਟਰਡ ਸਿੱਖ ਵੋਟਰਾਂ ਦੀ ਗਿਣਤੀ 27 ਲੱਖ 87 ਹਜ਼ਾਰ ਰਹੀ, ਜਦੋਂ ਕਿ 2011 ਵਿਚ ਹੋਈਆਂ ਐਸਜੀਪੀਸੀ ਚੋਣਾਂ ਦੌਰਾਨ ਸਿੱਖ ਵੋਟਰਾਂ ਦੀ ਗਿਣਤੀ 52 ਲੱਖ ਦੇ ਕਰੀਬ ਸੀ। ਐਸਜੀਪੀਸੀ ਚੋਣਾਂ ਭਾਰਤ ਸਰਕਾਰ ਵਲੋਂ ਗਠਿਤ ਗੁਰਦੁਆਰਾ ਇਲੈਕਸ਼ਨ ਕਮਿਸ਼ਨ ਦੀ ਦੇਖ ਰੇਖ ਵਿਚ ਕਰਵਾਈਆਂ ਜਾਂਦੀਆਂ ਹਨ।   

 

 

ਕਿਹਾ : ਟੈਕਸ ਚੋਰੀ ਨੂੰ ਰੋਕਣ ਲਈ ਮੁਹਿੰਮ ਨੂੰ ਹੋਰ ਤਾਕਤਵਰ ਬਣਾਇਆ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਵਿਚ ਟੈਕਸ ਚੋਰੀ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਜਾਅਲੀ ਬਿੱਲਾਂ ਰਾਹੀਂ ਫੇਕ ਆਈ.ਡੀ. ਬਣਾ ਕੇ ਸਰਕਾਰ ਨੂੰ ਚੂਨਾ ਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ ਅਤੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਟੈਕਸ ਚੋਰੀ ਨੂੰ ਰੋਕਣ ਦੀ ਮੁਹਿੰਮ ਨੂੰ ਹੋਰ ਤਾਕਤਵਰ ਬਣਾਇਆ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਾਡਾ ਵਿਭਾਗ ਟੈਕਸ ਚੋਰੀ ਕਰਨ ਵਾਲਿਆਂ ਖਿਲਾਫ ਲਗਾਤਾਰ ਸਖਤੀ ਵਰਤ ਰਿਹਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਟੈਕਸ ਗ੍ਰੋਥ ਕਰੀਬ 6 ਫੀਸਦੀ ਸੀ, ਪਰ ਸਾਡੀ ਸਰਕਾਰ ਆਉਣ ਤੋਂ ਬਾਅਦ ਇਹ ਗ੍ਰੋਥ 13 ਫੀਸਦੀ ਤੋਂ ਉਪਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਟੈਕਸ ਵਿਚ ਧੋਖਾਧੜੀ ਕਰੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਜੇਕਰ ਵਿਭਾਗ ਦਾ ਕੋਈ ਵੀ ਅਧਿਕਾਰੀ ਸ਼ਾਮਲ ਪਾਇਆ ਗਿਆ ਤਾਂ ਉਸਦੇ ਖਿਲਾਫ ਵੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।  

 

 

 

ਚੋਣ ਕਮਿਸ਼ਨ ਨੇ ਵਿਭਾਗ ਨੂੰ ਪੰਚਾਂ ਤੇ ਸਰਪੰਚਾਂ ਦੀਆਂ ਰਿਜ਼ਰਵ ਸੀਟਾਂ ਸਬੰਧੀ ਪ੍ਰਕਿਰਿਆ ਪੂਰੀ ਕਰਨ ਲਈ ਕਿਹਾ 

ਚੰਡੀਗੜ੍ਹ/ਬਿਊਰੋ ਨਿਊਜ਼  

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਤੋਂ ਬਾਅਦ ਪੰਜਾਬ ਵਿਚ ਪੰਚਾਇਤ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸੂਬੇ ਦੇ ਚੋਣ ਕਮਿਸ਼ਨ ਵਲੋਂ ਇਕ ਪੱਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਲਿਖਿਆ ਗਿਆ ਹੈ। ਇਸ ਪੱਤਰ ਰਾਹੀਂ ਕਿਹਾ ਗਿਆ ਹੈ ਕਿ ਭਵਿੱਖ ਵਿਚ ਹੋਣ ਵਾਲੀਆਂ ਪੰਚਾਇਤ ਚੋਣਾਂ ਲਈ ਪੰਚਾਂ ਅਤੇ ਸਰਪੰਚਾਂ ਦੀਆਂ ਸੀਟਾਂ ਨੂੰ ਰਿਜ਼ਰਵ ਕਰਨ ਸਬੰਧੀ ਪ੍ਰਕਿਰਿਆ ਨੂੰ ਪੂਰਾ ਕਰ ਲਿਆ ਜਾਵੇ। ਇਹ ਵੀ ਕਿਹਾ ਗਿਆ ਹੈ ਕਿ ਰਿਜ਼ਰਵੇਸ਼ਨ ਸਬੰਧੀ ਹਰ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਤਾਂ ਕਿ ਚੋਣਾਂ ਦੇ ਸਮੇਂ ਆਮ ਲੋਕਾਂ ਅਤੇ ਉਮੀਦਵਾਰਾਂ ਨੂੰ ਮੁਸ਼ਕਲ ਪੇਸ਼ ਨਾ ਆਵੇ। ਧਿਆਨ ਰਹੇ ਕਿ 2018 ਵਿਚ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਪੰਚਾਇਤ ਚੋਣਾਂ ਹੋਈਆਂ ਸਨ ਅਤੇ ਉਸ ਸਮੇਂ 13,276 ਸਰਪੰਚਾਂ ਅਤੇ 83,831 ਪੰਚਾਂ ਦੀ ਚੋਣ ਹੋਈ ਸੀ। ਪੰਚਾਇਤ ਵਿਭਾਗ ਵਲੋਂ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਭੰਗ ਕਰ ਦਿੱਤੀਆਂ ਗਈਆਂ ਹਨ ਅਤੇ ਹੁਣ ਕਿਸੇ ਸਮੇਂ ਵੀ ਪੰਚਾਇਤੀ ਚੋਣਾਂ ਸਬੰਧੀ ਐਲਾਨ ਹੋ ਸਕਦਾ ਹੈ। 

 

ਕਿਹਾ : ਮੈਨੂੰ ਸਰਕਾਰਾਂ ਨੇ ਫਸਾਇਆ, ਮਾਮਲੇ ਦੀ ਹੋਵੇ ਸੀਬੀਆਈ ਜਾਂਚ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਵਿਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਪੰਜਾਬ ਪੁਲਿਸ ਦੇ ਬਰਖਾਸਤ ਡੀਐਸਪੀ ਜਗਦੀਸ਼ ਭੋਲਾ ਨੇ ਸੂਬਾ ਸਰਕਾਰਾਂ ’ਤੇ ਆਰੋਪ ਲਗਾਏ ਹਨ। ਜਗਦੀਸ਼ ਭੋਲਾ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰਾਂ ਨੇ ਡਰੱਗ ਤਸਕਰੀ ਦੇ ਝੂਠੇ ਕੇਸ ਵਿਚ ਫਸਾਇਆ ਹੈ ਅਤੇ ਇਸ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। ਜਗਦੀਸ਼ ਭੋਲਾ ਨੇ ਇਹ ਵੀ ਕਿਹਾ ਕਿ ਜੇਕਰ ਮੈਂ ਦੋਸ਼ੀ ਪਾਇਆ ਜਾਂਦਾ ਹਾਂ ਤਾਂ ਮੈਨੂੰ ਫਾਂਸੀ ਦੀ ਸਜ਼ਾ ਦੇ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਜਗਦੀਸ਼ ਭੋਲਾ ਦੇ ਪਿਤਾ ਦਾ ਦਿਹਾਂਤ ਹੋ ਗਿਆ ਸੀ ਅਤੇ ਮੁਹਾਲੀ ਦੀ ਸੀਬੀਆਈ ਅਦਾਲਤ ਨੇ ਜਗਦੀਸ਼ ਭੋਲਾ ਨੂੰ 11 ਵਜੇ ਤੋਂ ਲੈ ਕੇ 2 ਵਜੇ ਤੱਕ ਆਪਣੇ ਪਿਤਾ ਦੇ ਸਸਕਾਰ ਵਿਚ ਸ਼ਾਮਲ ਹੋਣ ਲਈ ਜ਼ਮਾਨਤ ਦਿੱਤੀ ਸੀ। ਇਸ ਦੌਰਾਨ ਜਗਦੀਸ਼ ਭੋਲਾ ਆਪਣੇ ਪਿਤਾ ਦੇ ਸਸਕਾਰ ਵਿਚ ਸ਼ਾਮਲ ਹੋਣ ਲਈ ਬਠਿੰਡਾ ਦੇ ਪਿੰਡ ਰਾਏਕੇ ਪਹੁੰਚੇ ਅਤੇ ਉਨ੍ਹਾਂ ਨੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਵੀ ਕੀਤੀ ਅਤੇ ਸਰਕਾਰਾਂ ’ਤੇ ਸਵਾਲ ਖੜ੍ਹੇ ਕੀਤੇ। 

 

ਚੰਡੀਗੜ੍ਹ : ਦੁਨੀਆ ’ਚ ਕਰੀਬ 400 ਤਰ੍ਹਾਂ ਦੇ ਕੈਂਸਰ ਹਨ ਅਤੇ ਕੈਂਸਰ ਦੇ ਇਲਾਜ ਵਿਚ ਸਭ ਤੋਂ ਮਹੱਤਵਪੂਰਨ ਇਹ ਪਤਾ ਲਗਾਉਣਾ ਹੈ ਕਿ ਮਰੀਜ਼ ਨੂੰ ਕਿਸ ਤਰ੍ਹਾਂ ਦਾ ਕੈਂਸਰ ਹੈ। ਹੋਮੀ ਭਾਭਾ ਕੈਂਸਰ ਹਸਪਤਾਲ ਐਂਡ ਰਿਸਰਚ ਸੈਂਟਰ ਪੰਜਾਬ ਦੇ ਨਿਰਦੇਸ਼ਕ ਡਾ. ਆਸ਼ੀਸ਼ ਗੁਲੀਆ ਨੇ ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਵਲੋਂ ਆਯੋਜਿਤ ਇਕ ਵਰਕਸ਼ਾਪ ਵਿਚ ਦੱਸਿਆ ਕਿ ਇਸ ਲਈ ਕੈਂਸਰ ਜਾਂਚ ਬਹੁਤ ਅਹਿਮ ਹੈ ਅਤੇ ਇਸ ਵਿਚ ਕਰੀਬ ਇਕ ਮਹੀਨੇ ਦਾ ਸਮਾਂ ਲੱਗ ਜਾਂਦਾ ਹੈ ਤੇ ਖਰਚਾ ਵੀ ਵਧ ਜਾਂਦਾ ਹੈ। 50 ਏਕੜ ਵਿਚ ਫੈਲਿਆ ਹੋਮੀ ਭਾਭਾ ਕੈਂਸਰ ਹਸਪਤਾਲ ਇਹ ਕੋਸ਼ਿਸ਼ ਕਰ ਰਿਹਾ ਹੈ ਕਿ ਇਸ ਖਰਚ ਨੂੰ ਘੱਟ ਕੀਤਾ ਜਾਏ। ਉਨ੍ਹਾਂ ਦੱਸਿਆ ਕਿ ਹੋਮੀ ਭਾਭਾ ਹਸਪਤਾਲ ਨਿਊ ਚੰਡੀਗੜ੍ਹ ਅਤੇ ਇਸਦੇ ਸੰਗਰੂਰ ਕੇਂਦਰ ਦੀਆਂ ਗਤੀਵਿਧੀਆਂ ਸ਼ੁਰੂ ਹੋਣ ਨਾਲ ਪੰਜਾਬ ਤੋਂ ਰਾਜਸਥਾਨ ਨੂੰ ਕੈਂਸਰ ਰੋਗੀਆਂ ਨੂੰ ਲੈ ਕੇ ਜਾਣ ਵਾਲੀ ਟਰੇਨ ਹੁਣ ਰਾਜਸਥਾਨ ਤੋਂ ਕੈਂਸਰ ਰੋਗੀਆਂ ਨੂੰ ਪੰਜਾਬ ਲਿਆਉਂਦੀ ਹੈ। ਉਨ੍ਹਾਂ ਦੱਸਿਆ ਕਿ ਹੋਮੀ ਭਾਭਾ ਕੈਂਸਰ ਹਸਪਤਾਲ ਦੇ ਦਰਵਾਜ਼ੇ ਤੋਂ ਕੋਈ ਵੀ ਮਰੀਜ਼ ਬਿਨਾ ਇਲਾਜ ਦੇ ਵਾਪਸ ਨਹੀਂ ਪਰਤਦਾ, ਚਾਹੇ ਉਸਦੀ ਜੇਬ ਵਿਚ ਇਕ ਵੀ ਪੈਸਾ ਨਾ ਹੋਵੇ। ਉਨ੍ਹਾਂ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਸਪਤਾਲ ਨੂੰ ਸ਼ੁਰੂ ਕੀਤੇ ਜਾਣ ਤੋਂ ਬਾਅਦ ਹੁਣ ਤੱਕ ਲੋਕਾਂ ਖਾਸ ਕਰ ਮਹਿਲਾਵਾਂ ਨੂੰ ਜਾਗਰੂਕ ਕਰਨ ਦੇ ਲਈ ਪੰਜਾਬ ਦੇ ਸੈਂਕੜੇ ਪਿੰਡਾਂ ਵਿਚ ਇਕ ਹਜ਼ਾਰ ਤੋਂ ਜ਼ਿਆਦਾ ਸਕਰੀਨਿੰਗ ਕੈਂਪ ਆਯੋਜਿਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚ ਪੁਰਸ਼ਾਂ ਦੇ ਨਾਲ-ਨਾਲ ਪੰਜ ਲੱਖ ਤੋਂ ਜ਼ਿਆਦਾ ਮਹਿਲਾਵਾਂ ਦੀ ਸਕਰੀਨਿੰਗ ਕੀਤੀ ਜਾ ਚੁੱਕੀ ਹੈ, ਕਿਉਂਕਿ ਕੈਂਸਰ ਨੂੰ ਰੋਕਣ ਦਾ ਸਭ ਤੋਂ ਪ੍ਰਭਾਵੀ ਉਪਾਅ ਇਸਦੇ ਬਾਰੇ ਵਿਚ ਜਾਗਰੂਕਤਾ ਹੈ। ਉਨ੍ਹਾਂ ਦੱਸਿਆ ਕਿ ਕੈਂਸਰ ਦੇ ਇਲਾਜ ਵਿਚ ਹੁਣ ਆਯੁਰਵੈਦ ਅਤੇ ਯੋਗ ਆਸਣਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਇਸਦੇ ਨਤੀਜੇ ਵੀ ਚੰਗੇ ਮਿਲ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਂਸਰ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਦੇ ਲਈ ਉਨ੍ਹਾਂ ਨੇ ਹਸਪਤਾਲ ਲਈ 10 ਤੋਂ 15 ਏਕੜ ਹੋਰ ਜ਼ਮੀਨ ਸਰਕਾਰ ਤੋਂ ਮੰਗੀ ਹੈ। ਇਸ ਹਸਪਤਾਲ ਦਾ ਇਕ ਕੇਂਦਰ ਸੰਗਰੂਰ ਦੇ ਸਿਵਲ ਹਸਪਤਾਲ ਵਿਚ ਕੰਮ ਕਰ ਰਿਹਾ ਹੈ। ਹੁਣ ਤੱਕ ਭਾਰਤ ਵਿਚ ਕੈਂਸਰ ਦੇ ਰੋਗੀਆਂ ਨੂੰ ਇਲਾਜ ਦੀਆਂ ਸਹੂਲਤਾਂ ਸਰਕਾਰੀ ਖੇਤਰ ਦੇ ਚੋਣਵੇਂ ਹਸਪਤਾਲਾਂ ਤੋਂ ਇਲਾਵਾ ਕਾਰਪੋਰੇਟ ਹਸਪਤਾਲਾਂ ਵਿਚ ਹੁੰਦੀਆਂ ਸਨ, ਜਿਸਦਾ ਮੁੱਖ ਟੀਚਾ ਇਲਾਜ ਨਹੀਂ, ਸਿਰਫ ਮੁਨਾਫਾ ਹੈ। ਟਾਟਾ ਮੈਮੋਰੀਅਲ ਸੈਂਟਰ ਅਤੇ ਇਸਦੇ ਖੇਤਰੀ ਹਸਪਤਾਲਾਂ ’ਚ 3,000 ਬਿਸਤਰਿਆਂ ਦੀ ਸਮਰੱਥਾ ਹੈ। ਇਨ੍ਹਾਂ ਹਸਪਤਾਲਾਂ ਵਿਚ ਪੇਪਰਲੈਸ, ਫਿਲਮਲੈਸ ਅਤੇ ਕੈਸ਼ਲੈਸ ਚਿਕਿਤਸਾ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। 

ਇਸ ਵਰਕਸ਼ਾਪ ਵਿੱਚ ਚੰਡੀਗੜ੍ਹ, ਪੰਜਾਬ, ਦਿੱਲੀ, ਰਾਜਸਥਾਨ, ਹਿਮਾਚਲ ਦੇ ਪੱਤਰਕਾਰਾਂ, ਕੈਂਸਰ ਦੇ ਇਲਾਜ ਨਾਲ ਸਬੰਧਤ ਡਾਕਟਰਾਂ ਅਤੇ ਚਿਤਕਾਰਾ ਯੂਨੀਵਰਸਿਟੀ ਦੇ ਪੱਤਰਕਾਰੀ ਵਿਭਾਗ ਦੇ ਵਿਦਿਆਰਥੀਆਂ ਨੇ ਭਾਗ ਲਿਆ। ਭਾਭਾ ਪਰਮਾਣੂ ਖੋਜ ਕੇਂਦਰ, ਮੁੰਬਈ ਦੇ ਵਿਗਿਆਨੀ ਡਾ.ਐਸ.ਟੀ. ਮਹਿਤਰੇ ਨੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਵਿੱਚ ਪ੍ਰਮਾਣੂ ਊਰਜਾ ਦੀ ਵਰਤੋਂ ਲਈ ਦੇਸ਼ ਭਰ ਵਿੱਚ ਚਲਾਏ ਜਾ ਰਹੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਖੇਤੀ ਖੇਤਰ ਵਿੱਚ ਰੇਡੀਏਸ਼ਨ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਤਕਾਲ ਰਾਹੀਂ ਉਨ੍ਹਾਂ ਨੇ ਅਜਿਹੇ ਬੀਜ ਤਿਆਰ ਕੀਤੇ ਹਨ ਜੋ ਕਿਸਾਨ ਦੀ ਆਮਦਨ ਦੁੱਗਣੀ ਕਰ ਸਕਦੇ ਹਨ। ਮਿੱਟੀ ਪਰਖ ਲਈ ਇੱਕ ਕਿੱਟ ਵੀ ਤਿਆਰ ਕੀਤੀ ਗਈ ਹੈ, ਜਿਸਦੀ ਵਰਤੋਂ ਕਿਸਾਨ ਖੁਦ ਆਪਣੇ ਖੇਤ ਦੀ ਮਿੱਟੀ ਦੀ ਪਰਖ ਕਰਨ ਲਈ ਕਰ ਸਕਦਾ ਹੈ। ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਨਾਥ ਵਸ਼ਿਸ਼ਟ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਰਮਾਣੂ ਊਰਜਾ ’ਤੇ ਐਸੋਸੀਏਸ਼ਨ ਦਾ ਇਹ ਦੂਜਾ ਪ੍ਰੋਗਰਾਮ ਹੈ, ਜਿਸ ਵਿੱਚ 50 ਤੋਂ ਵੱਧ ਪੱਤਰਕਾਰਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਵਿਗਿਆਨਕ ਵਿਸ਼ਿਆਂ ’ਤੇ ਪੱਤਰਕਾਰਾਂ ਦੀ ਸਮਰੱਥਾ ਨੂੰ ਵਧਾਉਣ ਲਈ ਭਵਿੱਖ ਵਿੱਚ ਅਜਿਹੇ ਹੋਰ ਪ੍ਰੋਗਰਾਮ ਆਯੋਜਿਤ ਕਰਨ ਦੀ ਯੋਜਨਾ ਹੈ।   

 

 

 

 

  

 

ਕਿਹਾ : ‘ਆਪ’ ਵਿਚ ਨਹੀਂ ਹੋਇਆ ਮੇਰਾ ਸਨਮਾਨ

ਜਲੰਧਰ/ਬਿਊਰੋ ਨਿਊਜ਼  

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ’ਤੇ ਬੇਇੱਜ਼ਤ ਕਰਨ ਦੇ ਆਰੋਪ ਲਗਾਏ ਹਨ। ਧਿਆਨ ਰਹੇ ਕਿ ਅੰਗੁਰਾਲ ‘ਆਪ’ ਦੇ ਹੀ ਵਿਧਾਇਕ ਸਨ ਅਤੇ ਉਹ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਜ਼ਿਮਨੀ ਚੋਣ ਵੀ ਲੜੀ, ਪਰ ਉਹ ਹਾਰ ਗਏ ਅਤੇ ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਜੇਤੂ ਰਹੇ। ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ‘ਆਪ’ ਵਿਚ ਉਨ੍ਹਾਂ ਦਾ ਸਨਮਾਨ ਨਹੀਂ ਹੋਇਆ ਅਤੇ ਇਸ ਕਰਕੇ ਹੀ ਉਹ ‘ਆਪ’ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ। ਅੰਗੁਰਾਲ ਨੇ ਕਿਹਾ ਕਿ ਮੈਂ ਹਮੇਸ਼ਾ ਸੱਚਾਈ ਦੀ ਰਾਜਨੀਤੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜਲੰਧਰ ਦੀ ਜ਼ਿਮਨੀ ਚੋਣ ਮਹਿੰਦਰ ਭਗਤ ਨੇ ਨਹੀਂ ਲੜੀ, ਸਗੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਲੜੀ ਹੈ।  

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.