Monday, 22 June 2026

4 ਮੰਤਰੀਆਂ ਦੀ ਕੀਤੀ ਗਈ ਹੈ ਛੁੱਟੀ 
ਚੰਡੀਗੜ੍ਹ/ਬਿਊਰੋ ਨਿਊਜ਼ 
ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿਚ ਅੱਜ ਫੇਰਬਦਲ ਹੋ ਗਿਆ ਹੈ। ਇਸ ਦੌਰਾਨ 5 ਨਵੇਂ ਚਿਹਰਿਆਂ ਨੂੰ ਮੰਤਰੀ ਬਣਾਇਆ ਗਿਆ ਹੈ, ਜਦੋਂ ਕਿ 4 ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਵੇਂ ਬਣਾਏ ਗਏ 5 ਮੰਤਰੀਆਂ ਨੂੰ ਚੰਡੀਗੜ੍ਹ ਦੇ ਰਾਜਭਵਨ ਵਿਖੇ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਨਵੇਂ 5 ਮੰਤਰੀਆਂ ਵਿਚ ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ, ਸ਼ਾਮ ਚੁਰਾਸੀ ਤੋਂ ਵਿਧਾਇਕ ਡਾ. ਰਵਜੋਤ ਸਿੰਘ, ਖੰਨਾ ਤੋਂ ਵਿਧਾਇਕ ਤਰਨਪ੍ਰੀਤ ਸਿੰਘ ਸੌਂਦ, ਜਲੰਧਰ ਪੱਛਮੀ ਤੋਂ ਵਿਧਾਇਕ ਮਹਿੰਦਰ ਭਗਤ ਅਤੇ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਸ਼ਾਮਲ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਹਾਜ਼ਰ ਸੀ। ਧਿਆਨ ਰਹੇ ਕਿ ਜਿਨ੍ਹਾਂ 4 ਮੰਤਰੀਆਂ ਦੀ ਛੁੱਟੀ ਕੀਤੀ ਗਈ ਹੈ, ਉਨ੍ਹਾਂ ਵਿਚ ਚੇਤਨ ਸਿੰਘ ਜੌੜਾਮਾਜਰਾ, ਬ੍ਰਮ ਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ ਸ਼ਾਮਲ ਹਨ। 

ਇਨ੍ਹਾਂ ਵਿਚ ਬਾਦਲ ਪਰਿਵਾਰ ਦੀਆਂ ਬੱਸਾਂ ਵੀ ਸ਼ਾਮਲ

ਚੰਡੀਗੜ੍ਹ : ਪੰਜਾਬ ਵਿਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ ਅਤੇ 600 ਨਿੱਜੀ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਜਿਹੜੀਆਂ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ, ਉਹ ਪਰਮਿਟ ਗੈਰਕਾਨੂੰਨੀ ਤਰੀਕੇ ਨਾਲ ਜਾਰੀ ਕੀਤੇ ਗਏ ਸਨ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 2007 ਤੋਂ 2017 ਦੌਰਾਨ ਅਕਾਲੀ ਦਲ ਦੀ ਸਰਕਾਰ ਅਤੇ ਇਸ ਤੋਂ ਬਾਅਦ ਕਾਂਗਰਸ ਸਰਕਾਰ ਦੇ ਸਮੇਂ ਇਹ ਸਾਰਾ ਖੇਲ ਹੋਇਆ ਸੀ। ਉਨ੍ਹਾਂ ਦੱਸਿਆ ਕਿ ਬਾਦਲ ਪਰਿਵਾਰ ਦੀਆਂ ਬੱਸਾਂ ਦੇ 30 ਫੀਸਦੀ ਗੈਰਕਾਨੂੰਨੀ ਪਰਮਿਟ ਵੀ ਰੱਦ ਕੀਤੇ ਗਏ ਹਨ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਪੜਤਾਲ ਕਰਨ ਤੋਂ ਬਾਅਦ ਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਛੋਟੇ ਟਰਾਂਸਪੋਰਟਰਾਂ ਨੂੰ ਫਾਇਦਾ ਹੋਵੇਗਾ ਅਤੇ ਉਹ ਦੁਬਾਰਾ ਆਪਣੀਆਂ ਬੱਸਾਂ ਚਲਾ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਵੱਡੀ ਗਿਣਤੀ ਵਿਚ ਬਾਦਲ ਪਰਿਵਾਰ ਦੀਆਂ ਬੱਸਾਂ ਚੱਲਦੀਆਂ ਹਨ।

1158 ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹਾਈਕੋਰਟ ਦੇ ਮਾਨਯੋਗ ਜਸਟਿਸ ਸੁਰੇਸ਼ਵਰ ਠਾਕੁਰ ਤੇ ਜਸਟਿਸ ਸੁਦੀਪਤੀ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਅਤੇ ਚੁਣੇ ਗਏ ਉਮੀਦਵਾਰਾਂ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਇਹ ਫੈਸਲਾ ਦਿੱਤਾ ਹੈ। ਇਸ ਮਾਮਲੇ ’ਚ ਸਿੰਗਲ ਬੈਂਚ ਵੱਲੋਂ ਭਰਤੀ ਰੱਦ ਕਰਨ ਤੋਂ ਪਹਿਲਾਂ ਸਰਕਾਰ ਨੇ 609 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਸਨ ਪਰ ਸਿਰਫ 135 ਨੂੰ ਹੀ ਪੋਸਟਿੰਗ ਮਿਲੀ ਸੀ। ਪੰਜਾਬ ਸਰਕਾਰ ਨੇ ਅਦਾਲਤ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰੀ ਕਾਲਜਾਂ ’ਚ ਅਧਿਆਪਕਾਂ ਦੀ ਵੱਡੀ ਘਾਟ ਹੈ। ਇਸ ਲਈ ਇਨ੍ਹਾਂ ਬਾਕੀ ਬਚੇ ਬਿਨੈਕਾਰਾਂ ਨੂੰ ਸਟੇਸ਼ਨ ਅਲਾਟ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਹਾਈਕੋਰਟ ਨੇ ਸਰਕਾਰ ਤੇ ਇਨ੍ਹਾਂ ਬਿਨੈਕਾਰਾਂ ਦੀ ਅਪੀਲ ਨੂੰ ਮੰਨਦਿਆਂ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰ ਕੇ ਇਨ੍ਹਾਂ ਭਰਤੀਆਂ ਨੂੰ ਹਰੀ ਝੰਡੀ ਦੇ ਦਿੱਤੀ।   

20 ਅਕਤੂਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਹੋਣ ਦੀ ਸੰਭਾਵਨਾ

ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ’ਚ ਪੰਚਾਇਤੀ ਚੋਣਾਂ ਹੁਣ 20 ਅਕਤੂਬਰ ਤੋਂ ਪਹਿਲਾਂ ਕਰਾਈਆਂ ਜਾਣਗੀਆਂ। ਪੰਚਾਇਤ ਵਿਭਾਗ ਇਸ ਨੋਟੀਫਿਕੇਸ਼ਨ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਕੋਲ ਭੇਜੇਗਾ ਅਤੇ ਚੋਣ ਕਮਿਸ਼ਨ ਇਸੇ ਅਧਾਰ ’ਤੇ ਪੰਚਾਇਤ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ। ਸੂਤਰਾਂ ਅਨੁਸਾਰ ਪੰਚਾਇਤ ਚੋਣਾਂ 13 ਅਕਤੂਬਰ ਨੂੰ ਵੀ ਹੋ ਸਕਦੀਆਂ ਹਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿਛਲੇ ਦਿਨੀਂ ਪੰਚਾਇਤੀ ਚੋਣਾਂ ਸਬੰਧੀ ਫਾਈਲ ਮੁੱਖ ਮੰਤਰੀ ਦਫ਼ਤਰ ਭੇਜੀ ਸੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਦਿੱਤੇ ਜਾਣ ਦਾ ਪਤਾ ਲੱਗਿਆ ਹੈ। ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ 1994 ਵਿਚ ਸਰਪੰਚਾਂ ਦੇ ਰਾਖਵੇਂਕਰਨ ਲਈ ਕੀਤੀਆਂ ਸੋਧਾਂ ਨੂੰ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪ੍ਰਕਿਰਿਆ ਸ਼ੁਰੂ ਕੀਤੇ ਜਾਣ ਤੋਂ ਸਾਫ਼ ਹੋ ਗਿਆ ਹੈ ਕਿ ਪੰਜਾਬ ਵਿਚ 20 ਅਕਤੂਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਹੋਣਗੀਆਂ। ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਛੇਤੀ ਹੀ ਚੋਣ ਜ਼ਾਬਤਾ ਵੀ ਲੱਗ ਜਾਵੇਗਾ।  

31 ਅਗਸਤ 2022 ਨੂੰ ਓਂਕਾਰ ਸਿੰਘ ਨੇ ਸਾਂਭਿਆ ਸੀ ਅਹੁਦਾ

ਚੰਡੀਗੜ੍ਹ/ਬਿਊਰੋ ਨਿਊਜ਼ 
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਤੋਂ ਐਨ ਪਹਿਲਾਂ ਆਪਣੇ ਓਐਸਡੀ ਪ੍ਰੋ. ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ। ਓਂਕਾਰ ਸਿੰਘ ਸੰਗਰੂਰ ਦੇ ਰਹਿਣ ਵਾਲੇ ਹਨ ਅਤੇ ਓਂਕਾਰ ਸਿੰਘ ਨੂੰ ਭਗਵੰਤ ਮਾਨ ਦਾ ਕਰੀਬੀ ਵੀ ਮੰਨਿਆ ਜਾਂਦਾ ਹੈ। ਉਹ ਮੁੱਖ ਮੰਤਰੀ ਦਫ਼ਤਰ ਦੇ ਸਾਰੇ ਕੰਮ-ਕਾਜ ਸੰਭਾਲਦੇ ਸਨ ਅਤੇ ਕਈ ਜ਼ਰੂਰੀ ਮਾਮਲਿਆਂ ’ਤੇ ਮੁੱਖ ਮੰਤਰੀ ਨੂੰ ਸਲਾਹ ਵੀ ਦਿੰਦੇ ਸਨ। ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ 31 ਅਗਸਤ 2022 ਨੂੰ ਓ.ਐਸ.ਡੀ. ਦਾ ਅਹੁਦਾ ਸੰਭਾਲਿਆ ਸੀ।

 

ਆਰ.ਕੇ. ਸਿੰਗਲਾ ਦੀ ਪ੍ਰਾਪਰਟੀ ਕੀਤੀ ਜਾਵੇਗੀ ਨਿਲਾਮ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਜੀਲੈਂਸ ਬਿਊਰੋ ਨੇ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦੀਆਂ ਚਾਰ ਪ੍ਰਾਪਰਟੀਜ਼ ਅਟੈਚ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਪ੍ਰਾਪਰਟੀਜ਼ ਨੂੰ ਜਲਦੀ ਨਿਲਾਮ ਵੀ ਕਰ ਦਿੱਤਾ ਜਾਵੇਗਾ। ਆਰ.ਕੇ. ਸਿੰਗਲਾ ਪੰਜਾਬ ਵਿਚ ਕਾਂਗਰਸ ਸਰਕਾਰ ਦੇ ਸਮੇਂ ਹੋਏ ਟੈਂਡਰ ਘੁਟਾਲੇ ਵਿਚ ਆਰੋਪੀ ਹੈ। ਵਿਜੀਲੈਂਸ ਨੂੰ ਜਾਂਚ ਵਿਚ ਉਸਦੀਆਂ 12 ਪ੍ਰਾਪਰਟੀਜ਼ ਦਾ ਪਤਾ ਲੱਗਾ ਹੈ ਅਤੇ ਇਨ੍ਹਾਂ ਵਿਚੋਂ 4 ਨੂੰ ਅਟੈਚ ਕੀਤਾ ਗਿਆ ਹੈ, ਜਦੋਂ ਕਿ ਬਾਕੀ 8 ਪ੍ਰਾਪਟਰੀਜ਼ ’ਤੇ ਵੀ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ। ਆਰ.ਕੇ. ਸਿੰਗਲਾ ਖਿਲਾਫ ਆਰੋਪ ਹਨ ਕਿ ਉਸ ਨੇ ਇਹ ਜਾਇਦਾਦ ਭਿ੍ਰਸ਼ਟਾਚਾਰ ਦੇ ਪੈਸੇ ਨਾਲ ਬਣਾਈ ਹੈ।   

 

ਪਹਿਲੇ ਪੜਾਅ ਵਿੱਚ ਗਰਾਮ ਪੰਚਾਇਤਾਂ ਅਤੇ ਦੂਜੇ ’ਚ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਹੋਣਗੀਆਂ 

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਕਰਵਾਏ ਜਾਣ ਦੀ ਸੰਭਾਵਨਾ ਹੈ ਅਤੇ 25 ਸਤੰਬਰ ਨੂੰ ਸੂਬੇ ਵਿਚ ਚੋਣਾਂ ਦਾ ਐਲਾਨ ਰਾਜ ਚੋਣ ਕਮਿਸ਼ਨ ਕਰ ਸਕਦਾ ਹੈ। ਇਸ ਸਬੰਧੀ ਚੋਣ ਕਮਿਸ਼ਨ ਨੇ ਤਿਆਰੀਆਂ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਹਨ। ਕਮਿਸ਼ਨ ਵੱਲੋਂ ਚੋਣਾਂ ਦੇ ਐਲਾਨ ਦੇ ਨਾਲ ਹੀ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਚੋਣ ਕਮਿਸ਼ਨ ਨੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਸਰਪੰਚਾਂ ਦੇ ਰਾਖਵੇਂਕਰਨ ਦੇ ਨੋਟੀਫਿਕੇਸ਼ਨ ਦੇ ਵੇਰਵੇ ਮੰਗ ਲਏ ਹਨ। ਰਾਜ ਚੋਣ ਕਮਿਸ਼ਨ ਨੇ ਪਿਛਲੇ ਦਿਨੀਂ ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਪਹਿਲਾਂ ਪੰਚਾਇਤ ਚੋਣਾਂ 13 ਜਾਂ 18 ਅਕਤੂਬਰ ਨੂੰ ਹੋਣ ਦੀ ਸੰਭਾਵਨਾ ਸੀ ਪਰ ਹੁਣ 15 ਅਕਤੂਬਰ ਨੂੰ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੇ ਰਾਖਵੇਂਕਰਨ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਸਰਪੰਚਾਂ ਦੇ ਅਹੁਦੇ ਰਾਖਵੇਂ ਕਰਨ ਲਈ ਜੋ ਰੋਸਟਰ ਤਿਆਰ ਹੋ ਰਹੇ ਹਨ, ਉਨ੍ਹਾਂ ਲਈ 2011 ਦੀ ਜਨਗਣਨਾ ਨੂੰ ਆਧਾਰ ਬਣਾਇਆ ਗਿਆ ਹੈ। ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ ਅਤੇ ਪਹਿਲੇ ਪੜਾਅ ਵਿੱਚ ਗਰਾਮ ਪੰਚਾਇਤਾਂ ਦੀਆਂ ਚੋਣਾਂ ਹੋਣਗੀਆਂ ਜਦੋਂ ਕਿ ਦੂਜੇ ਵਿੱਚ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਹੋਣਗੀਆਂ।

 

ਹਫਤੇ ’ਚ 4 ਦਿਨ ਅੰਮਿ੍ਰਤਸਰ ਤੋਂ ਬੈਂਕਾਕ ਜਾਵੇਗੀ ਉਡਾਨ

ਅੰਮਿ੍ਰਤਸਰ/ਬਿਊਰੋ ਨਿਊਜ਼  

ਅੰਮਿ੍ਰਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਆਉਂਦੀ 28 ਅਕਤੂਬਰ ਤੋਂ ਬੈਂਕਾਕ ਅਤੇ ਅੰਮਿ੍ਰਤਸਰ ਵਿਚਾਲੇ ਸਿੱਧੀ ਉਡਾਨ ਸ਼ੁਰੂ ਕੀਤੀ ਜਾ ਰਹੀ ਹੈ। ਥਾਈਲੈਂਡ ਦੇ ਥਾਈ ਏਅਰ ਲਾਈਨ ਵਲੋਂ ਇਹ ਫਲਾਈਟ ਸ਼ੁਰੂ ਕੀਤੀ ਜਾ ਰਹੀ ਹੈ। ਇਹ ਫਲਾਈਟ ਹਫਤੇ ਵਿਚ ਚਾਰ ਦਿਨ ਉਡਾਨ ਭਰੇਗੀ। ਇਹ ਫਲਾਈਟ ਸੋਮਵਾਰ, ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਰਾਤ 8 ਵੱਜ ਕੇ 10 ਮਿੰਟ ’ਤੇ ਬੈਂਕਾਕ ਤੋਂ ਉਡਾਨ ਭਰੇਗੀ ਅਤੇ 4 ਘੰਟੇ 45 ਮਿੰਟ ਬਾਅਦ ਰਾਤ 11 ਵੱਜ ਕੇ 25 ਮਿੰਟ ’ਤੇ ਅੰਮਿ੍ਰਤਸਰ ਪਹੁੰਚੇਗੀ। ਇਸੇ ਤਰ੍ਹਾਂ ਅੰਮਿ੍ਰਤਸਰ ਤੋਂ ਵਾਪਸੀ ਉਡਾਨ ਮੰਗਲਵਾਰ, ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ ਨੂੰ ਅੱਧੀ ਰਾਤ ਤੋਂ ਬਾਅਦ 12 ਵੱਜ ਕੇ 25 ਮਿੰਟ ’ਤੇ ਜਾਵੇਗੀ ਅਤੇ ਸਵੇਰੇ 6 ਵੱਜ ਕੇ 15 ਮਿੰਟ ’ਤੇ ਬੈਂਕਾਕ ਪਹੁੰਚ ਜਾਵੇਗੀ। ਦੱਸਿਆ ਗਿਆ ਹੈ ਕਿ ਇਸ ਫਲਾਈਟ ਦੇ ਸ਼ੁਰੂ ਹੋਣ ਨਾਲ ਥਾਈਲੈਂਡ ਵਿਚ ਰਹਿ ਰਹੇ ਪੰਜਾਬੀ ਭਾਈਚਾਰੇ ਨੂੰ ਫਾਇਦਾ ਹੋਵੇਗਾ ਅਤੇ ਉਤਰ ਭਾਰਤ ਵਿਚ ਵਪਾਰ ਵੀ ਵਧੇਗਾ।

 

‘ਸਾਂਝ ਰਾਹਤ ਪ੍ਰਾਜੈਕਟ’ ਦਾ ਕੀਤਾ ਗਿਆ ਆਗਾਜ਼

ਚੰਡੀਗੜ੍ਹ : ਪੰਜਾਬ ਪੁਲਿਸ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਮਦਦ ਲਈ ਨਵੀਂ ਪਹਿਲਕਦਮੀ ਕੀਤੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰਾਜੈਕਟ’ ਦੀ ਸ਼ੁਰੂਆਤ ਕੀਤੀ ਹੈ। ਡੀਜੀਪੀ ਯਾਦਵ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਉਦੇਸ਼ ਘਰੇਲੂ ਹਿੰਸਾ ਦੇ ਪੀੜਤਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਤੇ ਉਨ੍ਹਾਂ ਨੂੰ ਹਿੰਸਾ-ਮੁਕਤ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ। ਇਹ ਪ੍ਰਾਜੈਕਟ, ਪੀੜਤਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਜੀਵਨ ਬਾਰੇ ਫੈਸਲਾ ਲੈਣ ਵਿੱਚ ਮਦਦ ਕਰੇਗਾ। ਇਸ ਪ੍ਰਾਜੈਕਟ ਵਿੱਚ ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ, ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਸ਼ਾਮਲ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਪਾਇਲਟ ਪ੍ਰੋਗਰਾਮ ਵਜੋਂ ਸ਼ੁਰੂ ਕੀਤਾ ਗਿਆ ਹੈ ਅਤੇ ਇਸਦਾ ਕੁਝ ਸਮੇਂ ਬਾਅਦ ਸੂਬੇ ਭਰ ’ਚ ਵਿਸਥਾਰ ਕੀਤਾ ਜਾਵੇਗਾ। 

 

ਮਾਮਲਾ ਬਿੱਟੂ ਵਲੋਂ ਰਾਹੁਲ ਗਾਂਧੀ ਖਿਲਾਫ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦਾ

ਨਵੀਂ ਦਿੱਲੀ/ਬਿਊਰੋ ਨਿਊਜ਼ 

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਖਿਲਾਫ ਦਿੱਲੀ ਹਾਈਕੋਰਟ ਵਿਚ ਅੱਜ ਬੁੱਧਵਾਰ ਨੂੰ ਇਕ ਜਨਹਿੱਤ ਪਟੀਸ਼ਨ ਦਾਖਲ ਕੀਤੀ ਗਈ ਹੈ। ਦਿੱਲੀ ਦੇ ਤੁਗਲਕ ਰੋਡ ਥਾਣੇ ਵਿਚ ਰਵਨੀਤ ਬਿੱਟੂ ਖਿਲਾਫ ਕੇਸ ਦਰਜ ਕਰਵਾਇਆ ਗਿਆ ਹੈ। ਹਿੰਦੂ ਸੈਨਾ ਦੇ ਇਕ ਵਿਅਕਤੀ ਵਲੋਂ ਦਾਇਰ ਇਸ ਪਟੀਸ਼ਨ ’ਚ ਆਰੋਪ ਲਗਾਇਆ ਗਿਆ ਹੈ ਕਿ ਰਵਨੀਤ ਬਿੱਟੂ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਖਿਲਾਫ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਕੀਤਾ ਸੀ। ਜਨਹਿੱਤ ਪਟੀਸ਼ਨ ਵਿਚ ਰਵਨੀਤ ਬਿੱਟੂ ਦੇ ਖਿਲਾਫ ਕਾਰਵਾਈ ਦੀ ਮੰਗ ਕਰਦੇ ਹੋਏ ਕਿਹਾ ਗਿਆ ਹੈ ਕਿ ਰਵਨੀਤ ਬਿੱਟੂ ਦੀਆਂ ਟਿੱਪਣੀਆਂ ਨਾਲ ਮਾਹੌਲ ਖਰਾਬ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਨੰਬਰ ਇਕ ਅਤਿਵਾਦੀ ਕਹਿ ਦਿੱਤਾ ਗਿਆ ਸੀ।

 

ਆਪਣੇ ਬਿਆਨਾਂ ਨੂੰ ਲੈ ਕੇ ਵਿਵਾਦਾਂ ’ਚ ਘਿਰ ਗਏ ਸਨ ਗੁਰਦਾਸ ਮਾਨ

ਜਲੰਧਰ : ਪੰਜਾਬੀ ਗਾਇਕ ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਮੁਆਫੀ ਮੰਗ ਲਈ ਹੈ। ਇਕ ਚੈਨਲ ਨੂੰ ਦਿੱਤੇ ਇੰਟਰਵਿੳੂ ਵਿਚ ਗੁਰਦਾਸ ਮਾਨ ਨੇ ਕਿਹਾ ਕਿ ਜੇਕਰ ਮੇਰੇ ਬੋਲਣ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੋਵੇ  ਤਾਂ ਮੈਂ ਦੋਵੇਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ। ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਦੋ ਵਾਰ ਵਿਵਾਦਾਂ ਵਿਚ ਘਿਰ ਗਏ ਸਨ। ਇਕ ਵਾਰ ਵਿਦੇਸ਼  ਦੌਰੇ ਦੌਰਾਨ ਗੁਰਦਾਸ ਮਾਨ ਨੇ ਆਪਣੇ ਸ਼ੋਅ ਵਿਚ ਵਿਰੋਧ ਕਰ ਰਹੇ ਕੁਝ ਨੌਜਵਾਨਾਂ ਲਈ ਭੱਦੀ ਸ਼ਬਦਾਵਲੀ ਵਰਤੀ ਸੀ। ਇਸ ਤੋਂ ਪਹਿਲਾਂ ਮਾਂ ਬੋਲੀ ਪੰਜਾਬੀ ਨੂੰ ਲੈ ਕੇ ਗੁਰਦਾਸ ਮਾਨ ਨੇ ਕਿਹਾ ਸੀ ਕਿ ਪਹਿਲਾਂ ਹਿੰਦੀ ਤੇ ਫਿਰ ਪੰਜਾਬੀ। ਇਸ ਤੋਂ ਬਾਅਦ ਗੁਰਦਾਸ ਮਾਨ ਨੇ ਨਕੋਦਰ ਵਿਚ ਡੇਰਾ ਬਾਬਾ ਮੁਰਾਦ ਸ਼ਾਹ ਮੇਲੇ ’ਚ ਸਟੇਜ ’ਤੇ ਕਿਹਾ ਸੀ ਕਿ ਸਾਈਂ ਲਾਡੀ ਸ਼ਾਹ ਸਿੱਖਾਂ ਦੇ ਤੀਜੇ ਗੁਰੂ ਅਮਰਦਾਸ ਜੀ ਦੇ ਵੰਸ਼ ਵਿਚੋਂ ਹਨ। ਜਦੋਂ ਇਸ ਸਬੰਧੀ ਵੀਡੀਓ ਵਾਇਰਲ ਹੋਈ ਸੀ ਤਾਂ ਸਿੱਖ ਜਥੇਬੰਦੀਆਂ ਭੜਕ ਗਈਆਂ ਸਨ। ਇਸਦੇ ਚੱਲਦਿਆਂ ਗੁਰਦਾਸ ਮਾਨ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ। ਇਨ੍ਹਾਂ ਸਾਰੀਆਂ ਗੱਲਾਂ ਨੂੰ ਲੈ ਕੇ ਗੁਰਦਾਸ ਮਾਨ ਨੇ ਹੁਣ ਮੁਆਫੀ ਮੰਗ ਲਈ ਹੈ। 

 

ਭਗਵੰਤ ਮਾਨ ਸਰਕਾਰ ਖਿਲਾਫ ਜੰਮ ਕੇ ਕੀਤੀ ਗਈ ਨਾਅਰੇਬਾਜ਼ੀ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਕਾਂਗਰਸ ਪਾਰਟੀ ਵਲੋਂ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਥਾਵਾਂ ’ਤੇ ਕੀਤੇ ਗਏ ਰੋਸ ਪ੍ਰਦਰਸ਼ਨਾਂ ਦੌਰਾਨ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅੰਮਿ੍ਰਤਸਰ ਦੇ ਜੰਡਿਆਲਾ ਗੁਰੂ ਵਿਚ ਹੋਏ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਏ ਅਤੇ ਉਨ੍ਹਾਂ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾਅਵੇ ਕਰਦੀ ਹੈ ਕਿ ਸੂਬੇ ਵਿਚ ਨਸ਼ਾ ਖਤਮ ਕੀਤਾ ਜਾ ਰਿਹਾ ਹੈ, ਪਰ ਪੰਜਾਬ ਵਿਚ ਨਸ਼ਾ ਖਤਮ ਨਹੀਂ ਹੋ ਰਿਹਾ ਹੈ। ਇਸੇ ਤਰ੍ਹਾਂ ਮੁਹਾਲੀ ਵਿਚ ਵੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਕਾਂਗਰਸੀਆਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਇਸ ਰੋਸ ਪ੍ਰਦਰਸ਼ਨ ਵਿਚ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਪਹੁੰਚੇ। ਇਸ ਮੌਕੇ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਵੀ ਮੁੱਖ ਮੰਤਰੀ ਦਾ ਅਹੁਦਾ ਕਿਸੇ ਮਹਿਲਾ ਨੂੰ ਦਿੱਤਾ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਸਮੁੱਚੇ ਪੰਜਾਬ ਵਿਚ ਕਾਂਗਰਸ ਵਲੋਂ ਪੰਜਾਬ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਗਏ ਹਨ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.