ਨਵੀਂ ਦਿੱਲੀ/ਬਿਊਰੋ ਨਿਊਜ਼
ਸੰਵਿਧਾਨ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਵਾਸੀਆਂ ਦੇ ਨਾਂ ਇਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਸਾਰਿਆਂ ਨੂੰ ਆਪਣੇ ਸੰਵਿਧਾਨਕ ਫਰਜ਼ਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਹ ਇਕ ਮਜ਼ਬੂਤ ਲੋਕਤੰਤਰ ਦੀ ਨੀਂਹ ਹੈ। ਆਪਣੀ ਯਾਤਰਾ ਨੂੰ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪੱਤਰ ਵਿਚ ਸੰਵਿਧਾਨ ਦੀ ਸ਼ਕਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਸੰਵਿਧਾਨ ਦੀ ਤਾਕਤ ਹੈ, ਜਿਸਨੇ ਇਕ ਗਰੀਬ ਪਰਿਵਾਰ ਦੇ ਇਕ ਆਮ ਵਿਅਕਤੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੱਕ ਪਹੁੰਚਣ ਦੇ ਯੋਗ ਬਣਾਇਆ। ਇਸ ਪੱਤਰ ਵਿਚ ਪ੍ਰਧਾਨ ਮੰਤਰੀ ਨੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ’ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਡਾ ਸੰਵਿਧਾਨ ਇਕ ਪਵਿੱਤਰ ਦਸਤਾਵੇਜ਼ ਹੈ, ਜੋ ਦੇਸ਼ ਦੇ ਵਿਕਾਸ ਲਈ ਇਕ ਸੱਚੇ ਮਾਰਗਦਰਸ਼ਕ ਵਜੋਂ ਲਗਾਤਾਰ ਕੰਮ ਕਰਦਾ ਰਿਹਾ ਹੈ। ਮੋਦੀ ਨੇ ਆਪਣੇ ਪੱਤਰ ਵਿੱਚ ਸੰਵਿਧਾਨ ਦੇ ਨਿਰਮਾਤਾਵਾਂ ਨੂੰ ਵੀ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਨੌਜਵਾਨ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਵਿਧਾਨ ਨੇ ਸਾਨੂੰ ਵੋਟ ਪਾਉਣ ਦਾ ਅਧਿਕਾਰ ਦਿੱਤਾ ਹੈ ਅਤੇ ਨਾਗਰਿਕ ਹੋਣ ਦੇ ਨਾਤੇ ਇਹ ਸਾਡਾ ਫਰਜ਼ ਹੈ ਕਿ ਅਸੀਂ ਵੋਟ ਪਾਉਣ ਦਾ ਕੋਈ ਵੀ ਮੌਕਾ ਨਾ ਗੁਆਈਏ।


