ਨਵੀਂ ਦਿੱਲੀ/ਬਿਊਰੋ ਨਿਊਜ਼
ਪੱਛਮੀ ਬੰਗਾਲ ਵਿਚ ਪਈਆਂ ਵਿਧਾਨ ਸਭਾ ਵੋਟਾਂ ਦੇ ਨਤੀਜੇ ਅੱਜ ਆ ਗਏ ਹਨ। ਪੱਛਮੀ ਬੰਗਾਲ ਵਿਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਹੋਈ ਹੈ ਅਤੇ ਪਿਛਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਿਆਸਤ ਪੂਰੀ ਤਰ੍ਹਾਂ ਬਦਲ ਗਈ ਹੈ। ਇਸਦੇ ਚੱਲਦਿਆਂ ਭਾਜਪਾ ਨੇ ਬਹੁਮਤ ਹਾਸਲ ਕਰ ਲਿਆ ਹੈ ਅਤੇ ਮਮਤਾ ਬੈਨਰਜੀ ਦੀ ਪਾਰਟੀ ਤਿ੍ਰਣਾਮੂਲ ਕਾਂਗਰਸ ਦੂਜੇ ਨੰਬਰ ’ਤੇ ਰਹੀ ਹੈ। ਜ਼ਿਕਰਯੋਗ ਹੈ ਕਿ ਮਮਤਾ ਬੈਨਰਜੀ ਦੀ ਅਗਵਾਈ ਹੇਠਲੀ ਟੀਐਮਸੀ, ਜੋ ਪਿਛਲੇ 15 ਸਾਲਾਂ ਤੋਂ ਸੂਬੇ ਦੀ ਸੱਤਾ ’ਤੇ ਕਾਬਜ਼ ਸੀ, ਪਰ ਇਸ ਵਾਰ ਪਛੜ ਗਈ ਹੈ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ, ਅਸਾਮ, ਕੇਰਲ, ਤਾਮਿਲਨਾਡੂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਵਿਚ ਵਿਧਾਨ ਸਭਾ ਲਈ ਵੋਟਾਂ ਪਈਆਂ ਸਨ ਅਤੇ ਇਨ੍ਹਾਂ ਦੇ ਨਤੀਜੇ ਆ ਰਹੇ ਹਨ। ਦੱਸਣਯੋਗ ਹੈ ਕਿ ਮਹਾਰਾਸ਼ਟਰ ਦੀ ਬਾਰਾਮਤੀ ਵਿਧਾਨ ਸੀਟ ’ਤੇ ਵੀ ਜ਼ਿਮਨੀ ਚੋਣ ਲਈ ਵੋਟਾਂ ਪਈਆਂ ਸਨ। ਇਸ ਸੀਟ ’ਤੇ ਐਨ.ਸੀ.ਪੀ. ਦੀ ਉਮੀਦਵਾਰ ਸੁਨੇਤਰਾ ਪਵਾਰ ਨੇ 2 ਲੱਖ 18 ਹਜ਼ਾਰ, 930 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਇਸ ਜਿੱਤ ਦਾ ਅੰਤਰ ਭਾਰਤੀ ਇਤਿਹਾਸ ਵਿਚ ਹੁਣ ਤੱਕ ਦਾ ਸਭ ਤੋਂ ਵੱਡਾ ਰਿਕਾਰਡ ਹੈ।
ਰਵਨੀਤ ਬਿੱਟੂ ਦਾ ਦਾਅਵਾ - ਪੱਛਮੀ ਬੰਗਾਲ ਤੋਂ ਬਾਅਦ ਹੁਣ ਪੰਜਾਬ ’ਚ ਤਖਤਾ ਪਲਟ ਹੋਵੇਗਾ
ਸੁਨੀਲ ਜਾਖੜ ਨੇ ਕਿਹਾ : ਪੰਜਾਬ ਵਿਚ ਵੀ ਹੁਣ ਭਾਜਪਾ ਦੀ ਸਰਕਾਰ ਬਣੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਰਾਜ ਰੇਲ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਪੱਛਮੀ ਬੰਗਾਲ ਵਿਚ ਭਾਰਤੀ ਜਨਤਾ ਪਾਰਟੀ ਦੀ ਜਿੱਤ ’ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੱਛਮੀ ਬੰਗਾਲ ਦੇ ਲੋਕਾਂ ਨੇ ਮਾਫੀਆ, ਨਸ਼ਿਆਂ ਅਤੇ ਭਿ੍ਰਸ਼ਟਾਚਾਰ ਖਿਲਾਫ ਵੋਟ ਪਾਈ ਹੈ, ਉਸੇ ਤਰ੍ਹਾਂ ਹੁਣ ਪੰਜਾਬ ਦੀ ਵਾਰੀ ਹੈ। ਬਿੱਟੂ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਵੀ ਜਲਦ ਹੀ ‘ਤਖਤ ਪਲਟ’ ਦੇਖਣ ਨੂੰ ਮਿਲੇਗਾ, ਕਿਉਂਕਿ ਇਥੋਂ ਦੇ ਲੋਕ ਵੀ ਬਿਹਤਰੀ ਲਈ ਬਦਲਾਅ ਚਾਹੁੰਦੇ ਹਨ। ਇਸੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੱਛਮੀ ਬੰਗਾਲ ਵਿਚ ਭਾਜਪਾ ਨੇ ਬਹੁਮਤ ਹਾਸਲ ਕਰ ਲਿਆ ਅਤੇ ਹੁਣ 2027 ਵਿਚ ਪੰਜਾਬ ’ਚ ਵੀ ਭਾਜਪਾ ਦੀ ਸਰਕਾਰ ਬਣੇਗੀ। ਪੱਛਮੀ ਬੰਗਾਲ ਵਿਚ ਭਾਜਪਾ ਦੀ ਜਿੱਤ ’ਤੇ ਚੰਡੀਗੜ੍ਹ ’ਚ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੇ ਖੁਸ਼ੀ ਮਨਾਈ।
ਪੱਛਮੀ ਬੰਗਾਲ ’ਚ ਭਾਜਪਾ ਦੀ ਜਿੱਤ - ਮਮਤਾ ਬੈਨਰਜੀ ਦੀ ਤਿ੍ਰਣਾਮੂਲ ਕਾਂਗਰਸ ਪਾਰਟੀ ਦੂਜੇ ਨੰਬਰ ’ਤੇ
- ਭਾਰਤ
- Posted On


