7 ਰਾਜ ਸਭਾ ਮੈਂਬਰਾਂ ਦੀ ਦਲ-ਬਦਲੀ ਨੂੰ ਦੱਸਿਆ ਲੋਕਤੰਤਰ ਦਾ ਕਤਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੰਗਲਵਾਰ ਨੂੰ ਨਵੀਂ ਦਿੱਲੀ ’ਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਨੂੰ ਗੈਰ ਸੰਵਿਧਾਨਕ ਕਰਾਰ ਦਿੱਤਾ। ਮੀਟਿੰਗ ਤੋਂ ਬਾਅਦ ਰਾਸ਼ਟਰਪਤੀ ਭਵਨ ਵਿਚੋਂ ਬਾਹਰ ਆ ਕੇ ਸੀਐਮ ਮਾਨ ਨੇ ਮੀਡੀਆ ਨਾਲ ਵੀ ਗੱਲਬਾਤ ਕੀਤੀ ਹੈ। ਭਗਵੰਤ ਮਾਨ ਨਾਲ ਪਾਰਟੀ ਦੇ ਪੰਜਾਬ ਨਾਲ ਸਬੰਧਤ 90 ਵਿਧਾਇਕ ਵੀ ਦਿੱਲੀ ਪਹੁੰਚੇ ਸਨ। ਭਗਵੰਤ ਮਾਨ ਨੇ ਕੇਂਦਰ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਅਤੇ ਕਿਹਾ ਕਿ ਪੰਜਾਬ ਵਿਚ ਅਪਰੇਸ਼ਨ ਲੋਟਸ ਵਰਗੀਆਂ ਘਟੀਆ ਚਾਲਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜਿਨ੍ਹਾਂ ਮੈਂਬਰਾਂ ਨੇ ਪਾਰਟੀ ਨਾਲ ਗੱਦਾਰੀ ਕੀਤੀ ਹੈ, ਉਨ੍ਹਾਂ ਦੀ ਮੈਂਬਰਸ਼ਿਪ ਤੁਰੰਤ ਰੱਦ ਹੋਣੀ ਚਾਹੀਦੀ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਆਗੂਆਂ ਵਲੋਂ ਪੰਜਾਬ ਨੂੰ ਅਗਲਾ ਨਿਸ਼ਾਨਾ ਦੱਸਣ ਵਾਲੇ ਬਿਆਨਾਂ ’ਤੇ ਮਾਨ ਨੇ ਚੁਟਕੀ ਲੈਂਦਿਆਂ ਕਿਹਾ ਕਿ ਪੰਜਾਬ ਕੋਈ ਟਰੱਕ ਨਹੀਂ ਹੈ, ਕਿ ਜਿਸਦੀ ਵਾਰੀ ਆਵੇਗੀ ਉਹ ਹੀ ਚਲਾਉਣ ਲੱਗ ਪਵੇਗਾ। ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਭਾਜਪਾ ਦੇ ਸਿਰਫ 2 ਵਿਧਾਇਕ ਹਨ ਅਤੇ ਅਗਲੀਆਂ ਚੋਣਾਂ ਵਿਚ ਇਹ ਗਿਣਤੀ ‘ਜ਼ੀਰੋ’ ਹੋ ਸਕਦੀ ਹੈ। ਦੱਸਣਯੋਗ ਹੈ ਕਿ ਲੰਘੀ 24 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਦੇ 10 ਵਿਚੋਂ 7 ਰਾਜ ਸਭਾ ਮੈਂਬਰ ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ, ਹਰਭਜਨ ਸਿੰਘ, ਰਾਜਿੰਦਰ ਗੁਪਤਾ, ਵਿਕਰਮਜੀਤ ਸਾਹਨੀ ਅਤੇ ਸਵਾਤੀ ਮਾਲੀਵਾਲ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਇਨ੍ਹਾਂ ਵਿਚੋਂ 6 ਮੈਂਬਰ ਪੰਜਾਬ ਨਾਲ ਸਬੰਧਤ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਭਾਰਤੀ ਜਨਤਾ ਪਾਰਟੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਭਾਜਪਾ ਨੇ ਲੋਕਤੰਤਰ ਨੂੰ ਅਗਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੀ ਭਾਜਪਾ ਦੇ ‘ਵਿਜੇ ਰੱਥ’ ਨੂੰ ਰੋਕੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
- ਭਾਰਤ
- Posted On


