Saturday, 18 April 2026

ਕਿਹਾ : ਲੈਂਡ ਪੂਲਿੰਗ ਨਾਲੋਂ  ਕਿਸਾਨਾਂ ਦੀ ਖੁਸ਼ੀ ਜ਼ਿਆਦਾ ਮਹੱਤਵਪੂਰਨ 

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਸਰਕਾਰ ਦੇ ਇਸ ਫੈਸਲੇ ਸਬੰਧੀ ਗੱਲਬਾਤ ਕਰਦਿਆਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਸਾਡੇ ਲਈ ਲੈਂਡ ਪੂੂਲਿੰਗ ਨੀਤੀ ਨਾਲੋਂ ਕਿਸਾਨਾਂ ਦੀ ਖੁਸ਼ੀ ਅਤੇ ਸੰਤੁਸ਼ਟੀ ਜ਼ਿਆਦਾ ਮਹੱਤਵਪੂਰਨ ਹੈ। ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਿਸਾਨ ਪੱਖੀ ਪਾਰਟੀ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿੱਤ ਲਈ ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਲੈ ਕੇ ਆਈ ਸੀ, ਪਰ ਨੀਤੀ ਕਿਸਾਨਾਂ ਨੂੰ ਪਸੰਦ ਨਹੀਂ ਆਈ। ਇਸ ਲਈ ਅਸੀਂ ਬਿਨਾਂ ਦੇਰੀ ਕੀਤੇ ਇਸ ਨੀਤੀ ਨੂੰ ਵਾਪਸ ਲੈ ਲਿਆ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਕਿਸਾਨਾਂ ਦਾ ਆਰਥਿਕ ਵਿਕਾਸ ਅਤੇ ਖੁਸ਼ਹਾਲੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। 

 

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਾਰੋਬਾਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਉਦਯੋਗਿਕ ਖੇਤਰ ਲਈ ਸੈਕਟਰ ਵਾਰ ਕਮੇਟੀਆਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਚੰਡੀਗੜ੍ਹ ਵਿਚ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਨਅਤਕਾਰਾਂ ਨੂੰ ਬਹੁਤ ਜ਼ਿਆਦਾ ਮੁਸ਼ਕਲਾਂ ਆ ਰਹੀਆਂ ਸਨ, ਜਿਨ੍ਹਾਂ ਬਾਰੇ ਉਹ ਸਨਅਤਕਾਰ ਮਿਲਣੀ ’ਚ ਵਿਚਾਰ-ਵਟਾਂਦਰਾ ਕਰਦੇ ਸਨ। ਇਸ ਲਈ ਸਰਕਾਰ ਨੇ ਹਰ ਸੈਕਟਰ ਦੀ ਇਕ ਕਮੇਟੀ ਅਤੇ ਕਮੇਟੀ ਦਾ ਚੇਅਰਮੈਨ ਬਣਾਉਣ ਦਾ ਫੈਸਲਾ ਲਿਆ। ਉਨ੍ਹਾਂ ਕਿਹਾ ਕਿ  ਪੰਜਾਬ ਸਿੱਖਿਆ ਦੇ ਖੇਤਰ ਵਿਚ ਵੀ ਬਹੁਤ ਅੱਗੇ ਜਾ ਰਿਹਾ ਹੈ ਅਤੇ ਨੈਸ਼ਨਲ ਸਰਵੇ ਵਿਚ ਪਹਿਲੀ ਵਾਰੀ ਪੰਜਾਬ ਨੰਬਰ ਇਕ ’ਤੇ ਆਇਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਵਸੂਲੀ ਸਿਸਟਮ ਚੱਲਦਾ ਸੀ ਅਤੇ ਕਾਰੋਬਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਕੇ ਹਿੱਸੇ ਲਏ ਜਾਂਦੇ ਸਨ। ਇਸ ਤੋਂ ਤੰਗ ਹੋ ਕੇ ਹੌਲੀ-ਹੌਲੀ ਇੰਡਸਟਰੀ ਪੰਜਾਬ ਤੋਂ ਬਾਹਰ ਚਲੀ ਗਈ ਸੀ ਅਤੇ ਹੁਣ ਅਜਿਹਾ ਨਹੀਂ ਹੋਵੇਗਾ।

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਰੱਦ ਹੋਣ ਦੇ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਲਈ ਅਰਜ਼ੀ ਦਾਖਲ ਕੀਤੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ  ਸਰਕਾਰ ਨੇ ਸੁਪਰੀਮ ਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 14 ਜੁਲਾਈ ਦੇ ਆਦੇਸ਼ ਵਿਚ ਸੋਧ ਕਰਨ ਦੀ ਮੰਗ ਕੀਤੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਅਗਸਤ 2022 ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਨੂੰ ਰੱਦ ਕਰ ਦਿੱਤਾ ਸੀ। ਨਾਲ ਹੀ ਕਿਹਾ ਗਿਆ ਸੀ ਕਿ ਇਸ ਭਰਤੀ ਪ੍ਰਕਿਰਿਆ ਦੇ ਦੌਰਾਨ ਨਿਯਮਾਂ ਦਾ ਪਾਲਣ ਨਹੀਂ ਕੀਤਾ ਗਿਆ ਹੈ। 

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭਿ੍ਰਸ਼ਟਾਚਾਰ ਖਿਲਾਫ ਇਕ ਹੋਰ ਐਕਸ਼ਨ ਲਿਆ ਹੈ। ਸਰਕਾਰ ਨੇ ਤੈਅ ਕੀਤਾ ਹੈ ਕਿ ਲੰਮੇ ਸਮੇਂ ਤੋਂ ਤਹਿਸੀਲਾਂ ਵਿਚ ਡਿਊਟੀ ਨਿਭਾ ਰਹੇ ਅਸਿਸਟੈਂਟ ਅਤੇ ਸੇਵਾਦਾਰਾਂ ਦੀਆਂ ਹੁਣ ਬਦਲੀਆਂ ਕੀਤੀਆਂ ਜਾਣਗੀਆਂ। ਇਸ ਸਬੰਧੀ ਮਾਲੀਆ ਵਿਭਾਗ ਵਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਲੰਮੇ ਸਮੇਂ ਤੋਂ ਕੰਮ ਕਰ ਰਹੇ ਰਜਿਸਟਰੀ ਕਲਰਕਾਂ ਦੀਆਂ ਬਦਲੀਆਂ ਨੂੰ ਲੈ ਕੇ ਵੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਧਿਆਨ ਰਹੇ ਕਿ ਸਰਕਾਰ ਵਲੋਂ ਇਹ ਕਾਰਵਾਈ ਸਰਕਾਰੀ ਦਫਤਰਾਂ ’ਚ ਭਿ੍ਰਸ਼ਟਾਚਾਰ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ।

ਚੰਡੀਗੜ੍ਹ/ਬਿਊਰੋ ਨਿਊਜ਼ 

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਅੱਜ ਫਿਰ ਮੁਲਤਵੀ ਹੋ ਗਈ ਹੈ ਅਤੇ ਅਗਲੀ ਸੁਣਵਾਈ ਹੁਣ 12 ਅਗਸਤ ਉਤੇ ਪੈ ਗਈ ਹੈ। ਧਿਆਨ ਰਹੇ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਮੁਹਾਲੀ ਅਦਾਲਤ ਵਿਚ ਸੁਣਵਾਈ ਅੱਜ ਦੁਬਾਰਾ ਹੋਈ ਹੈ। ਇਸ ਮੌਕੇ ਸਰਕਾਰੀ ਧਿਰ ਵਲੋਂ ਵਕੀਲ ਫੈਰੀ ਸੋਫਤ ਅਤੇ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਪੇਸ਼ ਹੋਏ, ਜਦੋਂ ਕਿ ਸਰਕਾਰੀ ਵਕੀਲ ਪ੍ਰੀਤਇੰਦਰ ਪਾਲ ਸਿੰਘ ਸਿਹਤ ਖਰਾਬ ਹੋਣ ਕਾਰਨ ਕਾਰਵਾਈ ਵਿਚ ਸ਼ਾਮਲ ਨਹੀਂ ਹੋ ਸਕੇ। ਇਸੇ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਵਿਚ ਸ਼ਾਮਲ ਹੋਣ ਲਈ ਉਨ੍ਹਾਂ ਦੀ ਪਤਨੀ ਵਿਧਾਇਕ ਗਨੀਵ ਕੌਰ ਮਜੀਠੀਆ ਵੀ ਅਦਾਲਤ ਵਿਚ ਮੌਜੂਦ ਰਹੇ। ਇਸੇ ਦੌਰਾਨ ਗਨੀਵ ਕੌਰ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ। ਜ਼ਿਕਰਯੋਗ ਹੈ ਕਿ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਮਜੀਠੀਆ ਨਾਭਾ ਦੀ ਜੇਲ੍ਹ ਵਿਚ ਬੰਦ ਹਨ। 

ਪੰਜ ਮੈਂਬਰੀ ਕਮੇਟੀ ਨੇ 11 ਅਗਸਤ ਨੂੰ ਰੱਖਿਆ ਹੈ ਚੋਣ ਇਜਲਾਸ

ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ 

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਲਈ ਬੀਬੀ ਸਤਵੰਤ ਕੌਰ ਦੇ ਨਾਂਅ ਦੀ ਪ੍ਰੋੜਤਾ ਕੀਤੀ ਹੈ। ਇਸ ਸੰਬੰਧੀ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਆਖਿਆ ਕਿ ਪੰਜ ਮੈਂਬਰੀ ਕਮੇਟੀ ਵਲੋਂ 11 ਅਗਸਤ ਨੂੰ ਚੋਣ ਇਜਲਾਸ ਰੱਖਿਆ ਗਿਆ ਹੈ। ਉਨ੍ਹਾਂ ਲਿਖਿਆ ਹੈ ਕਿ ਮੇਰੇ ਕੋਲ ਜਾਣਕਾਰੀ ਪੁੱਜ ਰਹੀ ਹੈ ਕਿ ਉਸ ਚੋਣ ਵਿਚ ਮੇਰਾ ਨਾਮ ਅਤੇ ਬੀਬੀ ਸਤਵੰਤ ਕੌਰ ਦਾ ਨਾਮ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਲਈ ਵਿਚਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੇਰੇ ਮਨ ਵਿਚ ਆਪਣੀ ਉਸ ਭੈਣ ਦੇ ਪ੍ਰਤੀ ਬਹੁਤ ਸਤਿਕਾਰ ਹੈ। ਇਸ ਲਈ ਪੰਜ ਮੈਂਬਰੀ ਕਮੇਟੀ ਨੂੰ ਮੇਰੇ ਵਲੋਂ ਅਪੀਲ ਹੈ ਕਿ ਬੀਬੀ ਸਤਵੰਤ ਕੌਰ ਦੇ ਮੁਕਾਬਲੇ ਮੈਂ ਕਿਸੇ ਪ੍ਰਧਾਨਗੀ ਦੀ ਦੌੜ ਵਿਚ ਸ਼ਾਮਲ ਨਹੀਂ। ਇਸ ਲਈ ਮੇਰਾ ਨਾਮ ਪ੍ਰਧਾਨਗੀ ਲਈ ਨਾ ਵਿਚਾਰਿਆ ਜਾਵੇ। 

ਕਿਹਾ : ਗਿਆਨੀ ਹਰਪ੍ਰੀਤ ਸਿੰਘ ਨੂੰ ਨਵਾਂ ਪ੍ਰਧਾਨ ਬਣਾਉਣਾ ਏਜੰਸੀਆਂ ਦੀਆਂ ਚਾਲਾਂ

ਪਟਿਆਲਾ/ਬਿਊਰੋ ਨਿਊਜ਼ 

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਵੇਂ ਧੜੇ ਦਾ ਪ੍ਰਧਾਨ ਬਣਨ ’ਤੇ ਤਨਜ਼ ਕੱਸਿਆ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਨਵਾਂ ਪ੍ਰਧਾਨ ਬਣਾਉਣਾ ਏਜੰਸੀਆਂ ਦੀਆਂ ਚਾਲਾਂ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਇਨ੍ਹਾਂ ਦਾ ਮਕਸਦ ਸ੍ਰੋਮਣੀ ਅਕਾਲੀ ਦਲ ਨੂੰ ਖ਼ਤਮ ਕਰਨਾ ਹੈ। ਸੁਖਬੀਰ ਬਾਦਲ ਅੱਜ ਲੈਂਡ ਪੂਲਿੰਗ ਪਾਲਿਸੀ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ’ਚ ਰੱਖੇ ਇਕੱਠ ਨੂੰ ਸੰਬੋਧਨ ਕਰਨ ਪੁੱਜੇ ਸਨ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਚੰਗਾ ਹੋਇਆ ਸ੍ਰੋਮਣੀ ਅਕਾਲੀ ਦਲ ਦਾ ਗਦਾਰ ਲੀਡਰਾਂ ਤੋਂ ਖਹਿੜਾ ਛੁੱਟਿਆ। ਉਨ੍ਹਾਂ ਕਿਹਾ ਕਿ ਮੈਨੂੰ ਲੀਡਰਾਂ ਦੀ ਨਹੀਂ ਸਗੋ ਵਰਕਰਾਂ ਦੀ ਲੋੜ ਹੈ ਜੋ ਕਿ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਆਖਿਆ ਕਿ ਲੈਂਡ ਪੂਲਿੰਗ ਪਾਲਿਸੀ ਖਿਲਾਫ਼ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਲੈਂਡ ਪੂਲਿੰਗ ਨੀਤੀ ਦਾ ਪੰਜਾਬ ’ਚ ਹੋ ਰਿਹਾ ਡਟਵਾਂ ਵਿਰੋਧ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖਿਲਾਫ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਸ ਨੀਤੀ ’ਤੇ ਰੋਕ ਲਗਾ ਦਿੱਤੀ ਹੈ। ਦੱਸਿਆ ਗਿਆ ਕਿ ਅਦਾਲਤ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਨਹੀਂ ਹੋਈ ਅਤੇ ਸੂਬਾ ਸਰਕਾਰ ਨੂੰ ਜਵਾਬ ਦੇਣ ਲਈ 4 ਹਫਤਿਆਂ ਦਾ ਸਮਾਂ ਦਿੰਦਿਆਂ ਇਸ ਨੀਤੀ ’ਤੇ ਰੋਕ ਲਗਾ ਦਿੱਤੀ ਗਈ। ਇਸ ਨੀਤੀ ਖਿਲਾਫ ਦਾਇਰ ਪਟੀਸ਼ਨ ਵਿਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ‘ਭੌਂ ਪ੍ਰਾਪਤੀ ਐਕਟ 2013’ ਦੀ ਉਲੰਘਣਾ ਕਿਹਾ ਗਿਆ ਹੈ। ਅਦਾਲਤ ਨੇ ਇਹ ਵੀ ਸਪੱਸ਼ਟੀਕਰਨ ਮੰਗਿਆ ਹੈ ਕਿ ਕੀ ਸਰਕਾਰ ਨੇ ਜ਼ਮੀਨ ਉਤੇ ਨਿਰਭਰ ਵਿਅਕਤੀਆਂ ਦੇ ਮੁੜ ਵਸੇਬੇ ਦੇ ਪ੍ਰਬੰਧ ਲਈ ਕੋਈ ਸਕੀਮ ਬਣਾਈ ਹੈ। ਅਦਾਲਤ ਨੇ ਇਹ ਵੀ ਪੁੱਛਿਆ ਕਿ ਇਹ ਨੀਤੀ ਲਿਆਉਣ ਤੋਂ ਪਹਿਲਾਂ ਵਾਤਾਵਰਣ ਅਤੇ ਸਮਾਜ ਉਤੇ ਪੈਣ ਵਾਲੇ ਪ੍ਰਭਾਵਾਂ ਦੀ ਸਮੀਖਿਆ ਕੀਤੀ ਹੈ ਜਾਂ ਨਹੀਂ। ਧਿਆਨ ਰਹੇ ਕਿ ਭਗਵੰਤ ਮਾਨ ਸਰਕਾਰ ਵਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਦਾ ਪੰਜਾਬ ਭਰ ਵਿਚ ਡਟਵਾਂ ਵਿਰੋਧ ਹੋ ਰਿਹਾ ਹੈ। 

 

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਨੂੰ ਪੰਜਾਬ ਲਈ ਦੱਸਿਆ ਖਤਰਨਾਕ

ਅੰਮਿ੍ਰਤਸਰ/ਬਿਊਰੋ ਨਿਊਜ਼  

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਆਪਣੇ ਪਹਿਲੇ ਭਾਸ਼ਣ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਪਾਲਿਸੀ’ ਨੂੰ ਸੂਬੇ ਲਈ ਬਹੁਤ ਖਤਰਨਾਕ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ ਪਾਲਿਸੀ ਨੂੰ ਪੰਜਾਬ ਦੀ ਡੈਮੋਗ੍ਰਾਫੀ ਬਦਲਣ ਦੀ ਇੱਕ ਗੁੱਝੀ ਸਾਜਿਸ਼ ਦੱਸਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਸਰਕਾਰਾਂ ਅਤੇ ਮਾਫੀਆ ਵੱਲੋਂ ਪੰਜਾਬ ਦੀਆਂ ਜ਼ਮੀਨਾਂ ਖੋਹਣ ਦਾ ਇੱਕ ਤਰੀਕਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਪਾਲਿਸੀ ਦਾ ਮੁੱਖ ਮਕਸਦ ਜ਼ਮੀਨਾਂ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਦੇ ਡੈਮੋਗ੍ਰਾਫੀ ਨੂੰ ਵਿਗਾੜਨਾ ਹੈ। ਉਨ੍ਹਾਂ ਨੇ ਚਿੰਤਾ ਪ੍ਰਗਟਾਈ ਕਿ ਪੰਜਾਬ ਦੀ ਆਬਾਦੀ ਘੱਟ ਹੋ ਰਹੀ ਹੈ, ਪਰ ਇਸ ਪਾਲਿਸੀ ਤਹਿਤ ਖੋਹੀਆਂ ਗਈਆਂ ਜ਼ਮੀਨਾਂ ’ਤੇ ਗੈਰ-ਪੰਜਾਬੀਆਂ ਨੂੰ ਵਸਾਇਆ ਜਾਵੇਗਾ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੁੱਦੇ ’ਤੇ ਸਾਰੇ ਪੰਜਾਬੀਆਂ ਨੂੰ ਸੁਚੇਤ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਸਰਕਾਰ ’ਤੇ ਵੀ ਤਿੱਖੇ ਨਿਸ਼ਾਨੇ ਸਾਧੇ।

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਖਿਲਾਫ ਸ਼ੋ੍ਰਮਣੀ ਅਕਾਲੀ ਦਲ ਵਲੋਂ 1 ਸਤੰਬਰ ਤੋਂ ਮੁਹਾਲੀ ਵਿਖੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਹ ਫੈਸਲਾ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਰਾਹੀਂ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਦੀ ਇਕ ਇੰਚ ਜ਼ਮੀਨ ਵੀ ਕਿਸੇ ਨੂੰ ਐਕੁਆਇਰ ਨਹੀਂ ਕਰਨ ਦਿੱਤੀ ਜਾਵੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਵਲੋਂ 31 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਜਾਵੇਗੀ। ਇਸ ਤੋਂ ਬਾਅਦ 1 ਸਤੰਬਰ ਤੋਂ ਮੁਹਾਲੀ ਵਿਖੇ ਪੱਕਾ ਮੋਰਚਾ ਲਾਇਆ ਜਾਵੇਗਾ।

ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੀ ਚੇਅਰਪਰਸਨ ਬਣਾਇਆ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਤੇ ਬਿਨਾਂ ਕਿਸੇ ਵਿਰੋਧ ਦੇ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਇਸਦਾ ਐਲਾਨ ਸੰਤਾ ਸਿੰਘ ਉਮੈਦਪੁਰੀ ਵੱਲੋਂ ਕੀਤਾ ਗਿਆ ਹੈ। ਇਸਦੇ ਨਾਲ ਹੀ ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੀ ਚੇਅਰਪਰਸਨ ਬਣਾਇਆ ਗਿਆ ਹੈ।  ਅਕਾਲੀ ਦਲ ਦੇ ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ਦੀ ਤਜਵੀਜ਼ ਬਾਬਾ ਸਰਬਜੋਤ ਸਿੰਘ ਬੇਦੀ ਨੇ ਰੱਖੀ ਜਦੋਂਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸਦੀ ਤਾਈਦ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਕਮੇਟੀ ਵੱਲੋਂ ਅੱਜ ਅੰਮਿ੍ਰਤਸਰ ’ਚ ਡੈਲੀਗੇਟ ਇਜਲਾਸ ਦੌਰਾਨ ਪੰਥਕ ਕੌਂਸਲ ਬਣਾਈ ਗਈ ਹੈ ਅਤੇ ਬੀਬੀ ਸਤਵੰਤ ਕੌਰ ਨੂੰ ਉਸਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਡੈਲੀਗੇਟ ਇਜਲਾਸ ਲਈ ਅਬਜ਼ਰਵਰ ਨਿਯੁਕਤ ਕੀਤੇ ਗਏ ਪੰਜ ਮੈਂਬਰੀ ਕਮੇਟੀ ਵਿੱਚ ਸ਼ਾਮਲ ਸੰਤਾ ਸਿੰਘ ਉਮੈਦਪੁਰੀ ਨੇ ਨਵੀਂ ਨਿਯੁਕਤੀ ਦਾ ਐਲਾਨ ਕੀਤਾ ਹੈ। 

 

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਹਨ ਮਜੀਠੀਆ

ਮੁਹਾਲੀ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਮੁਹਾਲੀ ਦੀ ਅਦਾਲਤ ਵਿਚ ਸੁਣਵਾਈ ਹੋਈ ਹੈ। ਇਸ ਮੌਕੇ ਅਦਾਲਤ ਵਿਚ ਸਰਕਾਰੀ ਧਿਰ ਵਲੋਂ ਵਿਸ਼ੇਸ਼ ਸਰਕਾਰੀ ਵਕੀਲ ਫੈਰੀ ਸੋਫਤ ਅਤੇ ਪ੍ਰੀਤਇੰਦਰਪਾਲ ਸਿੰਘ ਵਲੋਂ ਮਜੀਠੀਆ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਮਾਮਲੇ ਦੀ ਗੰਭੀਰਤਾ ’ਤੇ ਧਿਆਨ ਦੇਣ ਲਈ ਅਦਾਲਤ ਅੱਗੇ ਅਪੀਲ ਕੀਤੀ। ਇਸੇ ਦੌਰਾਨ ਮਜੀਠੀਆ ਖਿਲਾਫ ਸਬੂਤਾਂ ਦੀ ਘਾਟ ਨੂੰ ਮੱਦੇਨਜ਼ਰ ਰੱਖਦਿਆਂ ਬਚਾਅ ਧਿਰ ਦੇ ਵਕੀਲ ਡੀ.ਐਸ. ਸੋਬਤੀ, ਐਚ.ਐਸ. ਧਨੋਆ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਆਪਣੀ ਰਾਏ ਦਿੱਤੀ। ਬਚਾਅ ਧਿਰ ਦੇ ਵਕੀਲਾਂ ਨੇ ਕਿਹਾ ਕਿ ਮਜੀਠੀਆ ਜ਼ਮਾਨਤ ਦੇ ਯੋਗ ਹਨ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ। ਇਸਦੇ ਚੱਲਦਿਆਂ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੁਣ ਭਲਕੇ ਸ਼ੁੱਕਰਵਾਰ ਨੂੰ ਕਰਨੀ ਹੈ। ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ 25 ਜੂਨ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਉਹ ਨਾਭਾ ਦੀ ਜੇਲ੍ਹ ਵਿਚ ਬੰਦ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.