Saturday, 18 April 2026

ਕਿਹਾ : ਪੰਜਾਬ ਦੇ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੀ ਹੱਕ

ਅੰਮਿ੍ਰਤਸਰ/ਬਿਊਰੋ ਨਿਊਜ਼  

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਣੀਆਂ ਦੇ ਮਸਲੇ ’ਤੇ ਅੰਮਿ੍ਰਤਸਰ ’ਚ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੀ ਹੱਕ ਹੈ। ਜਥੇਦਾਰ ਗੜਗੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਪਹਿਲਗਾਮ ਘਟਨਾ ਤੋਂ ਬਾਅਦ ਭਾਰਤ-ਪਾਕਿਸਤਾਨ ਦੇਸ਼ਾਂ ਦਰਮਿਆਨ ਪੈਦਾ ਹੋਏ ਤਣਾਅ ਸਬੰਧੀ ਵੀ ਗੱਲ ਕੀਤੀ। ਉਨ੍ਹਾਂ ਅਟਾਰੀ- ਵਾਹਗਾ ਸਰਹੱਦ ਬੰਦ ਹੋਣ ਕਾਰਨ ਦੋਵਾਂ ਦੇਸ਼ਾਂ ਦੇ ਬਾਰਡਰ ’ਤੇ ਪ੍ਰਭਾਵਿਤ ਹੋ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਵੀ ਸਰਕਾਰਾਂ ਨੂੰ ਧਿਆਨ ਦੇਣ ਦੀ ਅਪੀਲ ਕੀਤੀ।   

 

ਮਾਮਲਾ, ਪੁਲਿਸ ਨੂੰ ਜਮ੍ਹਾਂ ਕਰਵਾਏ ਮੋਬਾਇਲ ਦਾ ਪਾਸਵਰਡ ਨਾ ਦੱਸਣ ਦਾ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ 50 ਬੰਬਾਂ ਸਬੰਧੀ ਇੰਟਰਵਿਊ ਦਾ ਮਾਮਲਾ ਇਕ ਵਾਰ ਫਿਰ ਭਖ ਗਿਆ ਹੈ। ਹੁਣ ਇਸ ਮਾਮਲੇ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰ ਰਹੀ ਟੀਮ ਵਲੋਂ ਉਨ੍ਹਾਂ ਦੇ ਮੋਬਾਇਲ ਦਾ ਪਾਸਵਰਡ ਮੰਗਿਆ ਜਾ ਰਿਹਾ ਹੈ, ਜੋ ਕਿ ਉਨ੍ਹਾਂ ਦੀ ਨਿੱਜਤਾ ਦੀ ਉਲੰਘਣਾ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਮੋਬਾਇਲ ਪਹਿਲਾਂ ਹੀ ਜਾਂਚ ਟੀਮ ਨੂੰ ਸੌਂਪ ਦਿੱਤਾ ਹੈ, ਪਰ ਹੁਣ ਟੀਮ ਵਲੋਂ ਉਨ੍ਹਾਂ ਦੇ ਮੋਬਾਇਲ ਦਾ ਪਾਸਵਰਡ ਮੰਗਿਆ ਜਾ ਰਿਹਾ ਹੈ, ਜੋ ਕਿ ਬੇਹੱਦ ਗਲਤ ਹੈ। ਬਾਜਵਾ ਨੇ ਦੱਸਿਆ ਉਹ ਇਸ ਕਰਕੇ ਹੀ ਹਾਈਕੋਰਟ ਪਹੁੰਚੇ ਹਨ। ਫਿਲਹਾਲ ਇਸ ਮਾਮਲੇ ਸਬੰਧੀ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 7 ਮਈ ਨੂੰ ਹੋਣੀ ਤੈਅ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਵਲੋਂ ਇਕ ਨਿੱਜੀ ਚੈਨਲ ਨੂੰ ਦਿੱਤੇ ਗਏ ਇੰਟਰਵਿਊ ਵਿਚ ਕਿਹਾ ਗਿਆ ਸੀ ਕਿ ਪੰਜਾਬ ਵਿਚ 50 ਗਰਨੇਡ ਆਏ ਹਨ ਅਤੇ ਇਨ੍ਹਾਂ ਵਿਚੋਂ 18 ਚੱਲ ਚੁੱਕੇ ਹਨ ਅਤੇ 32 ਅਜੇ ਬਾਕੀ ਹਨ। ਬਾਜਵਾ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਸੀ। 

ਦਿੱਲੀ ਵਿੱਚ ਉਡਾਣਾਂ ਪ੍ਰਭਾਵਿਤ ਤੇ ਆਉਂਦੇ ਦਿਨਾਂ ’ਚ ਵੀ ਮੌਸਮ ਖਰਾਬ ਰਹਿਣ ਦਾ ਅਨੁਮਾਨ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੱਜ ਸ਼ੁੁੱਕਰਵਾਰ ਸਵੇਰੇ ਮੀਂਹ ਪੈਣ ਨਾਲ ਤਾਪਮਾਨ ਵਿੱਚ ਕਾਫੀ ਗਿਰਾਵਟ ਆਈ ਹੈ। ਕਈ ਥਾਵਾਂ ’ਤੇ ਤੇਜ਼ ਹਵਾਵਾਂ ਚੱਲਣ ਤੇ ਮੀਂਹ ਪੈਣ ਕਾਰਨ ਦਰੱਖਤ ਉੱਖੜ ਗਏ ਅਤੇ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਸ ਦੌਰਾਨ ਭਾਰੀ ਮੀਂਹ ਕਰਕੇ ਦਿੱਲੀ ਵਿੱਚ ਇੱਕ ਘਰ ਢਹਿ ਜਾਣ ਕਾਰਨ ਤਿੰਨ ਬੱਚਿਆਂ ਅਤੇ ਇੱਕ ਮਹਿਲਾ ਦੀ ਮੌਤ ਹੋ ਗਈ। ਇਸ ਦੇ ਚੱਲਦਿਆਂ ਤੇਜ਼ ਹਵਾਵਾਂ ਕਾਰਨ ਦਿੱਲੀ ਹਵਾਈ ਅੱਡੇ ’ਤੇ ਉਡਾਣਾਂ ਪ੍ਰਭਾਵਿਤ ਹੋਈਆਂ ਅਤੇ ਕੁਝ ਉਡਾਣਾਂ ਨੂੰ ਡਾਇਵਰਟ ਵੀ ਕਰਨਾ ਪਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਕਿਹਾ ਕਿ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਖਰਾਬ ਮੌਸਮ ਕਰਕੇ ਉਡਾਣ ਦੇ ਸੰਚਾਲਣ ਵਿਚ ਮੁਸ਼ਕਲ ਆਈ ਹੈ। ਇਸੇ ਦੌਰਾਨ ਮੌਸਮ ਵਿਭਾਗ ਵਲੋਂ ਅਨੁਮਾਨ ਲਗਾਇਆ ਗਿਆ ਹੈ ਕਿ ਆਉਂਦੇ ਕੁਝ ਮੌਸਮ ਖਰਾਬ ਰਹਿ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। 

 

ਡਾ. ਜ਼ੋਰਾ ਸਿੰਘ ਨੇ ਕਿਹਾ : ਸਮਾਜਿਕ ਭਲਾਈ ਲਈ ਸਾਡੀ ਵਚਨਬੱਧਤਾ ਅਟੁੱਟ

ਚੰਡੀਗੜ੍ਹ/ਬਿਊਰੋ ਨਿਊਜ਼

ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਇੱਕ ਵਿਸ਼ੇਸ਼ ਸਮਾਜਿਕ ਜ਼ਿੰਮੇਵਾਰੀ ਦੀ ਪਹਿਲਕਦਮੀ ਦਾ ਐਲਾਨ ਕੀਤਾ ਹੈ। ਇਸ ਤਹਿਤ, ਯੂਨੀਵਰਸਿਟੀ ਪੀੜਤਾਂ ਦੇ ਯੋਗ ਪਰਿਵਾਰਕ ਮੈਂਬਰਾਂ ਨੂੰ ਟਿਊਸ਼ਨ ਫੀਸ ’ਤੇ 100 ਫੀਸਦੀ ਸਕਾਲਰਸ਼ਿਪ ਦੇਵੇਗੀ। ਜਿਸ ਨਾਲ ਉਹ ਯੂਨੀਵਰਸਿਟੀ ਵੱਲੋਂ ਪੇਸ਼ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸਿੱਖਿਆ ਪ੍ਰਾਪਤ ਕਰ ਸਕਣਗੇ। ਸਕਾਲਰਸ਼ਿਪ ਇੰਜੀਨੀਅਰਿੰਗ, ਪ੍ਰਬੰਧਨ, ਵਣਜ, ਕੰਪਿਊਟਰ ਐਪਲੀਕੇਸ਼ਨਾਂ ਅਤੇ ਹੋਟਲ ਪ੍ਰਬੰਧਨ ਵਿੱਚ ਨਿਯਮਤ ਪ੍ਰੋਗਰਾਮਾਂ ਲਈ ਲਾਗੂ ਹੋਵੇਗੀ। ਇਸ ਸਬੰਧੀ ਗੱਲ ਕਰਦਿਆਂ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਦੇਸ਼ ਭਗਤ ਯੂਨੀਵਰਸਿਟੀ ਉਨ੍ਹਾਂ ਲੋਕਾਂ ਨਾਲ ਸਹਾਇਤਾ ਦੇ ਥੰਮ੍ਹ ਵਜੋਂ ਖੜ੍ਹੀ ਹੈ ਜਿਨ੍ਹਾਂ ਨੇ ਅਸਹਿਣਯੋਗ ਨੁਕਸਾਨ ਝੱਲਿਆ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਭਲਾਈ ਪ੍ਰਤੀ ਸਾਡੀ ਵਚਨਬੱਧਤਾ ਅਟੁੱਟ ਹੈ। 

 

ਕੇਂਦਰ ਅਤੇ ਹਰਿਆਣਾ ਸਰਕਾਰ ਖਿਲਾਫ ਲਿਆਂਦਾ ਜਾ ਸਕਦਾ ਹੈ ਮਤਾ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫੈਸਲੇ ਦੇ ਮੱਦੇਨਜ਼ਰ ਆਉਂਦੀ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਵਿਸ਼ੇਸ਼ ਇਜਲਾਸ ਦੌਰਾਨ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀਬੀਐੱਮਬੀ ਦੇ ਫੈਸਲੇ ਖਿਲਾਫ ਮਤਾ ਲਿਆਉਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਵਜ਼ੀਰਾਂ ਨਾਲ ਕੀਤੀ ਮੀਟਿੰਗ ਤੋਂ ਬਾਅਦ ਇਸ ਸਬੰਧੀ ਜਾਣੂ ਕਰਾਇਆ। ਵਿਧਾਨ ਸਭਾ ਇਜਲਾਸ ਦੌਰਾਨ ਪੰਜਾਬ ਦੇ ਜਲ ਸਰੋਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾਣ ਬਾਰੇ ਚਰਚਾ ਹੋਵੇਗੀ।

 

4 ਮਈ ਨੂੰ ਹੋ ਸਕਦੀ ਹੈ ਕੇਂਦਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ

ਚੰਡੀਗੜ੍ਹ/ਬਿਊਰੋ ਨਿਊਜ਼

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਕਿਸਾਨ ਆਗੂ ਡੱਲੇਵਾਲ ਨੇ ਪੁਸ਼ਟੀ ਕੀਤੀ ਹੈ ਕਿ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਵਲੋਂ ਉਨ੍ਹਾਂ ਨੂੰ ਐਮ.ਐਸ.ਪੀ. ਅਤੇ ਹੋਰ ਮੰਗਾਂ ਬਾਰੇ 4 ਮਈ ਨੂੰ ਕੇਂਦਰ ਸਰਕਾਰ ਨਾਲ ਹੋਣ ਜਾ ਰਹੀ ਮੀਟਿੰਗ ਲਈ ਅਧਿਕਾਰਤ ਤੌਰ ’ਤੇ ਸੱਦਾ ਮਿਲ ਗਿਆ ਹੈ। ਜਿਸ ਵਿਚ ਬੈਠਕ ਦਾ ਸਮਾਂ ਤੇ ਸਥਾਨ ਤੈਅ ਕਰਨ ਤੋਂ ਇਲਾਵਾ ਪੰਜਾਬ ਅਤੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਵਲੋਂ ਹਿੱਸਾ ਲੈਣ ਦੀ ਗੱਲ ਕਹੀ ਗਈ ਹੈ। ਕਿਸਾਨ ਆਗੂ ਡੱਲੇਵਾਲ ਵਲੋਂ ਕਿਹਾ ਗਿਆ ਕਿ ਅਸੀਂ ਇਹ ਮੰਨਦੇ ਹਾਂ ਕਿ ਹਰ ਮਸਲੇ ਦਾ ਹੱਲ ਗੱਲਬਾਤ ਨਾਲ ਹੀ ਨਿਕਲਦਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਗੱਲਬਾਤ ਤੋਂ ਨਹੀਂ ਭੱਜਦੇ, ਪਰ ਨਾਲ ਹੀ ਇਹ ਸ਼ਰਤ ਵੀ ਰੱਖੀ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਇਸ ਬੈਠਕ ਵਿਚ ਨਾ ਬੁਲਾਇਆ ਜਾਵੇ। 

 

ਗਿਆਨੀ ਰਘਬੀਰ ਸਿੰਘ ਨੂੰ ਵੀ ਏਅਰਪੋਰਟ ’ਤੇ ਕੀਤਾ ਗਿਆ ਸੀ ਪ੍ਰੇਸ਼ਾਨ

ਗੁਰਦਾਸਪੁਰ/ਬਿਊਰੋ ਨਿਊਜ਼ 

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੂੰ ਅੱਜ ਦਿੱਲੀ ਏਅਰਪੋਰਟ ’ਤੇ ਵਿਦੇਸ਼ ਜਾਣ ਤੋਂ ਰੋਕ ਲਿਆ ਗਿਆ। ਦਿੱਲੀ ਏਅਰਪੋਰਟ ਤੋਂ ਗੱਲਬਾਤ ਕਰਦਿਆਂ ਜਥੇਦਾਰ ਛੋਟੇਪੁਰ ਨੇ ਕਿਹਾ ਕਿ ਉਹ ਨਿੱਜੀ ਸਮਾਗਮ ਲਈ ਅਮਰੀਕਾ ਜਾ ਰਹੇ ਸਨ ਅਤੇ ਉਨ੍ਹਾਂ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਰੋਕ ਲਿਆ ਹੈ। ਜਥੇਦਾਰ ਛੋਟੇਪੁਰ ਨੇ ਦੱਸਿਆ ਕਿ ਇਸ ਸੰਬੰਧੀ ਇਮੀਗ੍ਰੇਸ਼ਨ ਵਿਭਾਗ ਨੇ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ। ਸਿਰਫ਼ ਪਾਸਪੋਰਟ ਦਫ਼ਤਰ ਨਾਲ ਤਾਲਮੇਲ ਕਰਨ ਲਈ ਹੀ ਕਿਹਾ ਗਿਆ ਹੈ ਜਦ ਕਿ ਉਨ੍ਹਾਂ ਕੋਲ ਵੈਲਿਡ ਪਾਸਪੋਰਟ ਅਤੇ ਵੀਜ਼ਾ ਉਪਲਬਧ ਹੈ। ਜਥੇਦਾਰ ਛੋਟੇਪੁਰ ਨੇ ਕਿਹਾ ਕਿ ਪਹਿਲਾਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਅਤੇ ਹੁਣ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਭਵਿੱਖ ਲਈ ਚਿੰਤਾ ਦਾ ਵਿਸ਼ਾ ਹੈ। 

 

ਜਨਤਕ ਛੁੱਟੀਆਂ ਦੌਰਾਨ ਵੀ ਫ਼ੋਨ ਰੱਖਣੇ ਹੋਣਗੇ ਖੁੱਲ੍ਹੇ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਆਪਣੇ ਮੋਬਾਈਲ ਫੋਨਾਂ ’ਤੇ ਹਰ ਵੇਲੇ ਉਪਲਬਧ ਰਹਿਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਪਰਸੋਨਲ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਅਧੀਨ ਸਕੱਤਰ ਅਤੇ ਉਸ ਤੋਂ ਉੱਚੇ ਦਰਜੇ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਮਾਤਹਿਤ ਕੋਈ ਵੀ ਕਰਮਚਾਰੀ ਦਫਤਰ ਦੇ ਸਮੇਂ ਤੋਂ ਬਾਅਦ ਆਪਣਾ ਫੋਨ ਬੰਦ ਨਾ ਕਰੇ। ਲੋਕ ਤੇ ਪ੍ਰਸ਼ਾਸਕੀ ਕਾਰਜਾਂ ਦੀਆਂ ਜ਼ਰੂਰਤਾਂ ਕਰਕੇ ਅਫ਼ਸਰਾਂ ਨੂੰ ਆਪਣੇ ਫੋਨਾਂ ’ਤੇ ਉਪਲਬਧ ਰਹਿਣ ਲਈ ਕਿਹਾ ਗਿਆ ਹੈ। ਜਨਤਕ ਛੁੱਟੀਆਂ ਦੌਰਾਨ ਵੀ ਫ਼ੋਨ ਖੁੱਲ੍ਹੇ ਰੱਖਣ ਦਾ ਹੁਕਮ ਦਿੱਤਾ ਗਿਆ ਹੈ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕਈ ਵਾਰ ਪ੍ਰਸ਼ਾਸਕੀ ਕੰਮ ਤੁਰੰਤ ਨਿਬੇੜਨੇ ਪੈਂਦੇ ਹਨ, ਜਿਸ ਕਰਕੇ ਅਧਿਕਾਰੀਆਂ ਦੀ ਉਪਲਬਧਤਾ ਜ਼ਰੂਰੀ ਹੋ ਜਾਂਦੀ ਹੈ। 

 

ਪੁਲਿਸ ਵਲੋਂ ਮਾਮਲਾ ਦਰਜ ਅਤੇ ਕੀਤੀ ਜਾ ਰਹੀ ਹੈ ਜਾਂਚ

ਬਠਿੰਡਾ/ਬਿਊਰੋ ਨਿਊਜ਼

ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਫੌਜ ਅਤੇ ਪੁਲਿਸ ਵੱਲੋਂ ਸ਼ੱਕੀ ਕਿਸਮ ਦੇ ਵਿਅਕਤੀਆਂ ਦੀ ਚੈਕਿੰਗ ਲਗਾਤਾਰ ਜਾਰੀ ਹੈ। ਇਸ ਦੌਰਾਨ ਬਠਿੰਡਾ ਕੈਂਟ ਤੋਂ ਇਕ ਮੋਚੀ ਨੂੰ ਪਾਕਿਸਤਾਨ ਦੀ ਇਕ ਮਹਿਲਾ ਨਾਲ ਸੰਪਰਕ ਰੱਖਣ ਦੇ ਆਰੋਪ ਹੇਠ ਗਿ੍ਰਫਤਾਰ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਮੁਲਜ਼ਮ ਬਿਹਾਰ ਦੇ ਸਮਸਤੀਪੁਰ ਦਾ ਰਹਿਣ ਵਾਲਾ ਹੈ। ਉਹ ਪਿਛਲੇ 10 ਸਾਲਾਂ ਤੋਂ ਬਠਿੰਡਾ ਵਿਚ ਰਹਿ ਰਿਹਾ ਸੀ ਅਤੇ ਬਠਿੰਡਾ ਛਾਉਣੀ ਵਿਚ ਮੋਚੀ ਦਾ ਕੰਮ ਕਰਦਾ ਸੀ। ਫੌਜ ਦੀ ਖੁਫੀਆ ਏਜੰਸੀ ਨੇ ਇਕ ਆਪਰੇਸ਼ਨ ਦੌਰਾਨ ਉਸਦੇ ਮੋਬਾਈਲ ਦੀ ਜਾਂਚ ਕੀਤੀ, ਜਿਸ ਵਿਚ ਪਾਕਿਸਤਾਨ ਦੀ ਇਕ ਔਰਤ ਨਾਲ ਸ਼ੱਕੀ ਵਟਸਐਪ ਚੈਟ ਮਿਲੀ। ਪੁਲਿਸ ਨੇ ਇਸ ਵਿਅਕਤੀ ਖਿਲਾਫ ਜਾਸੂਸੀ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਫੌਜ ਵੱਲੋਂ ਇਸ ਸਬੰਧੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

 

ਕਿਹਾ : ਲੋਕ ਨਸ਼ਾ ਛੱਡਣ ਲਈ ਆ ਰਹੇ ਨੇ ਅੱਗੇ   

ਅੰਮਿ੍ਰਤਸਰ/ਬਿਊਰੋ ਨਿਊਜ਼

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਮਿ੍ਰਤਸਰ ਪਹੁੰਚ ਕੇ ਓਟ ਕੇਂਦਰਾਂ ਦਾ ਜਾਇਜ਼ਾ ਲਿਆ ਅਤੇ ਨਸ਼ੇ ਦੇ ਮੁੱਦੇ ਉੱਤੇ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਾ ਮੁਕਤੀ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਹਾਂ ਪੱਖੀ ਹੁੰਗਾਰਾ ਮਿਲਿਆ ਹੈ ਅਤੇ ਲੋਕ ਨਸ਼ਾ ਛੱਡਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੇ ਮੁੱਦੇ ਉੱਤੇ ਸਾਡੀ ਪਾਰਟੀ ਦਾ ਕੋਈ ਰਾਜਸੀ ਨੇਤਾ ਤਸਕਰਾਂ ਦੀ ਸਹਾਇਤਾ ਨਹੀਂ ਕਰਦਾ ਅਤੇ ਨਸ਼ਾ ਛੁਡਾਉਣ ਲਈ ਸਰਕਾਰ ਦੀ ਨੀਤੀ ਬਿਲਕੁਲ ਸਪੱਸ਼ਟ ਹੈ ਕਿ ਜੋ ਨਸ਼ਾ ਕਰਦਾ ਹੈ ਉਸ ਦਾ ਇਲਾਜ ਕਰਵਾਵਾਂਗੇ ਅਤੇ ਜੋ ਨਸ਼ਾ ਵੇਚਦਾ ਹੈ ਉਸ ਨੂੰ ਜੇਲ੍ਹ ਵਿਚ ਸੁੱਟਾਂਗੇ। ਸਿਹਤ ਮੰਤਰੀ ਨੇ ਦੱਸਿਆ ਕਿ ਜੋ ਨਸ਼ਾ ਛੱਡੇਗਾ, ਉਸ ਨੂੰ ਅਸੀਂ ਇਲਾਜ ਕਰਵਾਉਣ ਦੇ ਨਾਲ-ਨਾਲ ਹੁਨਰਮੰਦ ਸਿੱਖਿਆ ਵੀ ਦੇਵਾਂਗੇ। 

 

ਕਿਹਾ : ਪੰਜਾਬ ’ਚੋਂ ਹਰ ਤਰੀਕੇ ਨਾਲ ਨਸ਼ਾ ਕੀਤਾ ਜਾਵੇਗਾ ਖਤਮ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਨਸ਼ੇ ਖਿਲਾਫ ਪੁਲਿਸ ਦਾ ਐਕਸ਼ਨ ਪਲਾਨ ਤਿਆਰ ਹੋ ਚੁੱਕਾ ਹੈ। ਇਸਦੇ ਚੱਲਦਿਆਂ ਡੀ.ਜੀ.ਪੀ. ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਨਾਲ ਲੈ ਕੇ ਪੰਜਾਬ ਪੁਲਿਸ ਨਸ਼ੇ ਖਿਲਾਫ਼ ਜੰਗ ਲੜੇਗੀ ਤੇ ਸਾਰੇ ਅਦਾਰੇ ਇਸ ਮੁਹਿੰਮ ਤਹਿਤ ਲੋਕਾਂ ਨਾਲ ਜੁੜਨਗੇ। ਉਨ੍ਹਾਂ ਅੱਗੇ ਕਿਹਾ ਕਿ 31 ਮਈ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਸਰਵੇਖਣ ਵੀ ਕੀਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਗੁਆਂਢੀ ਮੁਲਕ ਤੋਂ ਡਰੋਨ ਰਾਹੀਂ ਨਸ਼ਾ ਆਉਂਦਾ ਹੈ, ਪਰ ਪੰਜਾਬ ਪੁਲਿਸ ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਤਿਆਰ ਹੈ। ਡੀਜੀਪੀ ਨੇ ਕਿਹਾ ਕਿ ਨਸ਼ਿਆਂ ਦੇ ਵਪਾਰ ’ਚ ਸ਼ਾਮਲ ਕਿਸੇ ਵੀ ਪੁਲਿਸ ਅਧਿਕਾਰੀ, ਸਰਕਾਰੀ ਕਰਮਚਾਰੀ ਜਾਂ ਕਿਸੇ ਹੋਰ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਬੀ.ਐਸ.ਐਫ਼. ਨਾਲ ਪੰਜਾਬ ਪੁਲਿਸ ਦਾ ਵਧੀਆ ਤਾਲਮੇਲ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਹਰ ਤਰੀਕੇ ਨਾਲ ਪੰਜਾਬ ਵਿਚੋਂ ਨਸ਼ੇ ਖਤਮ ਕੀਤੇ ਜਾਣਗੇ।

 

ਕਿਹਾ : ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਖਾਕਾ ਪੂਰੀ ਤਰ੍ਹਾਂ ਤਿਆਰ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਹਰ ਹਾਲਤ ਵਿਚ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਪੂਰਾ ਖਾਕਾ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਐਵਾਰਡ ਦਿੱਤੇ ਜਾਣਗੇ ਅਤੇ ਸਹੀ ਕੰਮ ਨਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਸੂਬਾ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 31 ਮਈ ਤੱਕ ਮੁਕੰਮਲ ਕਰਨ ਦੀ ਡੈੱਡਲਾਈਨ ਦਿੱਤੀ ਹੈ। ਉਨ੍ਹਾਂ ਕਿਹਾ ਕਿ 31 ਮਈ ਤੋਂ ਬਾਅਦ ਨਸ਼ਾ ਤਸਕਰੀ ਹੋਣ ’ਤੇ ਪੰਜਾਬ ਵਿੱਚ ਸਬੰਧਤ ਐੱਸਐੱਸਪੀ ਅਤੇ ਪੁਲਿਸ ਕਮਿਸ਼ਨਰ ਜ਼ਿੰਮੇਵਾਰ ਹੋਣਗੇ।  

 

 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.