Saturday, 18 April 2026

ਕੇਜਰੀਵਾਲ ਖਿਲਾਫ ਪੰਜਾਬ ਦਾ ਪੈਸਾ ਬਰਬਾਦ ਕਰਨ ਦੇ ਲਗਾਏ ਆਰੋਪ

ਨਵੀਂ ਦਿੱਲੀ/ਬਿਊਰੋ ਨਿਊਜ਼

ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਦੌਰਾਨ ਵਿਆਪਕ ਸੁਰੱਖਿਆ ਅਤੇ ਪ੍ਰਬੰਧਾਂ ’ਤੇ ਸਵਾਲ ਉਠਾਏ ਹਨ। ਸਿਰਸਾ ਨੇ ਜਨਤਕ ਫੰਡਾਂ ਦੀ ਕਥਿਤ ਦੁਰਵਰਤੋਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਆਲੋਚਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਵਿਪਾਸਨਾ ਲਈ ਅਰਵਿੰਦ ਕੇਜਰੀਵਾਲ ਦੇ ਕਾਫਲੇ ਵਿੱਚ 2 ਕਰੋੜ ਰੁਪਏ ਤੋਂ ਵੱਧ ਦੀਆਂ ਕਾਰਾਂ, ਫਾਇਰ ਬਿ੍ਰਗੇਡ, ਐਂਬੂਲੈਂਸ ਅਤੇ 100 ਤੋਂ ਵੱਧ ਕਮਾਂਡੋ ਹਨ। ਉਹ ਕਿਸ ਤਰ੍ਹਾਂ ਦਾ ਆਮ ਆਦਮੀ ਹੈ? ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦਾ ਪੈਸਾ ਬਰਬਾਦ ਕਰ ਰਿਹਾ ਹੈ। ਸਿਰਸਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ‘ਵਿਪਾਸਨਾ’ ਨਹੀਂ ਸਗੋਂ ਮੁੱਖ ਮੰਤਰੀ ਬਣਨ ਦੇ ਆਪਣੇ ਸੁਪਨੇ ਨੂੰ ਪੂਰਾ ਕਰਨਾ ਹੈ। ਧਿਆਨ ਰਹੇ ਕਿ ਕੇਜਰੀਵਾਲ ਹੁਸ਼ਿਆਰਪੁਰ ’ਚ ਇਕ ਗੈਸਟ ਹਾਊਸ ’ਚ ਸਖਤ ਸੁਰੱਖਿਆ ਵਿਚਕਾਰ ਪਹੁੰਚੇ ਅਤੇ ਫਿਰ ਉਹ ਵਿਪਾਸਨਾ ਕੇਂਦਰ ਚਲੇ ਗਏ।

 

 

ਜਾਗਰੂਕਤਾ ਮੁਹਿੰਮ ਦਾ ਮਕਸਦ ਭਾਰਤੀ ਨਾਗਰਿਕਾਂ ਨੂੰ ਧੋਖਾਧੜੀ ਤੋਂ ਬਚਾਉਣਾ

ਜਲੰਧਰ/ਬਿਊਰੋ ਨਿਊਜ਼

ਯੂ.ਕੇ. ਨੇ ‘ਵੀਜ਼ਾ ਧੋਖਾਧੜੀ ਤੋਂ ਬਚੋ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸਦਾ ਮੁੱਖ ਮੰਤਵ ਭਾਰਤੀ ਨਾਗਰਿਕਾਂ ਨੂੰ ਵੀਜ਼ਾ ਧੋਖਾਧੜੀ ਅਤੇ ਗੈਰਕਾਨੂੰਨੀ ਪਰਵਾਸ ਦੇ ਜੋਖ਼ਮਾਂ ਤੋਂ ਬਚਾਉਣਾ ਹੈ। ਮੁਹਿੰਮ ਤਹਿਤ ਅੰਗਰੇਜ਼ੀ ਤੇ ਪੰਜਾਬੀ ਵਿੱਚ ਸਹਾਇਤਾ ਲਾਈਨ ਵੀ ਸ਼ੁਰੂ ਕੀਤੀ ਗਈ ਹੈ, ਜੋ ਆਮ ਵੀਜ਼ਾ ਘੁਟਾਲਾ ਜੁਗਤਾਂ ਦੀ ਪਛਾਣ ਵਿੱਚ ਮਦਦ ਦੇ ਨਾਲ ਵੈਧ ਤਰੀਕੇ ਨਾਲ ਯੂ.ਕੇ. ਦੀ ਯਾਤਰਾ ਕਰਨ ਵਾਲਿਆਂ ਲਈ ਰਾਹ ਦਸੇਰਾ ਬਣੇਗੀ। ਇਹ ਮੁਹਿੰਮ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿਚ ’ਵਰਸਿਟੀ ਦੇ ਚਾਂਸਲਰ ਅਤੇ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਦੀ ਮੌਜੂਦਗੀ ਵਿੱਚ ਸ਼ੁਰੂ ਕੀਤੀ ਗਈ। ਭਾਰਤ ਵਿੱਚ ਡਿਪਟੀ ਬਿ੍ਰਟਿਸ਼ ਹਾਈ ਕਮਿਸ਼ਨਰ ਕਿ੍ਰਸਟੀਨਾ ਸਕਾਟ ਨੇ ਕਿਹਾ ਕਿ ਉਨ੍ਹਾਂ ਦੀ ਇਹ ਮੁਹਿੰਮ ਗੈਰਕਾਨੂੰਨੀ ਪਰਵਾਸ ਅਤੇ ਵੀਜ਼ਾ ਧੋਖਾਧੜੀ ਵਿਰੁੱਧ ਲੜਾਈ ਨੂੰ ਤੇਜ਼ ਕਰਨ ਲਈ ਯੂਕੇ ਤੇ ਭਾਰਤ ਦੇ ਸਾਂਝੇ ਯਤਨਾਂ ਨੂੰ ਦਰਸਾਉਂਦੀ ਹੈ।

 

ਭਾਜਪਾ ਦੇ ਇਸ਼ਾਰੇ ’ਤੇ ਕਿਸਾਨਾਂ ਦੀ ਆਵਾਜ਼ ਦਬਾ ਰਹੀ ਹੈ ‘ਆਪ’ : ਰਾਜਾ ਵੜਿੰਗ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਗਿ੍ਰਫਤਾਰ ਕਰਨ ਅਤੇ ਉਨ੍ਹਾਂ ਦੇ ਘਰਾਂ ਵਿੱਚ ਛਾਪੇ ਮਾਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਵੱਲੋਂ ਭਾਜਪਾ ਦੇ ਇਸ਼ਾਰੇ ’ਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਇਸੇ ਕਰਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦੀ ਥਾਂ ਉਨ੍ਹਾਂ ਦੇ ਘਰਾਂ ਵਿੱਚ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਹਮੇਸ਼ਾ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕਰਦੀ ਰਹੇਗੀ। ਉਧਰ, ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀ ਗੱਲ ਸੁਣਨ ਦੀ ਥਾਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

ਕਿਹਾ : ਪਨਾਮਾ ’ਚ ਰਹਿੰਦੇ ਪੰਜਾਬੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਮਦਦ

ਅਜਨਾਲਾ/ਬਿਊਰੋ ਨਿਊਜ਼

ਅਮਰੀਕਾ ਵਲੋਂ ਨੌਜਵਾਨਾਂ ਨੂੰ ਡਿਪੋਰਟ ਕਰਨ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਹਰਕਤ ਵਿਚ ਆਉਂਦਿਆਂ ਉਕਤ ਨੌਜਵਾਨਾਂ ਨਾਲ ਠੱਗੀ ਮਾਰਨ ਦੇ ਆਰੋਪ ’ਚ ਹੁਣ ਤੱਕ 24 ਟਰੈਵਲ ਏਜੰਟਾਂ ਖਿਲਾਫ ਮੁਕਦਮੇ ਦਰਜ ਕਰਕੇ 7 ਟਰੈਵਲ ਏਜੰਟਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਕੀਤੀ ਪ੍ਰੈਸ ਕਾਨਫ਼ਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 1274 ਟਰੈਵਲ ਏਜੰਟਾਂ ਦੇ ਦਫਤਰਾਂ ਦੀ ਜਾਂਚ ਕੀਤੀ ਗਈ ਹੈ ਤੇ 1123 ਲਾਈਸੈਂਸ ਵੀ ਚੈੱਕ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਇਹ ਜਾਣਕਾਰੀ ਮੰਗੀ ਗਈ ਹੈ ਕਿ ਅਮਰੀਕਾ ਤੋਂ ਡਿਪੋਰਟ ਹੋ ਕੇ ਪਨਾਮਾ ਵਿਚ ਰਹਿਣ ਵਾਲੇ ਕਿੰਨੇ ਭਾਰਤੀ ਵਿਅਕਤੀ ਹਨ ਤੇ ਉਨ੍ਹਾਂ ਵਿਚ ਕਿੰਨੇ ਪੰਜਾਬੀ ਹਨ। ਧਾਲੀਵਾਲ ਹੋਰਾਂ ਦੱਸਿਆ ਕਿ ਪਨਾਮਾ ਵਿਚ ਰਹਿ ਰਹੇ ਪੰਜਾਬੀਆਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।

 

ਭਗਵੰਤ ਮਾਨ ਦੀ ਸਰਕਾਰ ’ਤੇ ਉਠਣ ਲੱਗੇ ਸਵਾਲ

ਚੰਡੀਗੜ੍ਹ/ਬਿਊਰੋ ਨਿਊਜ਼

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਸ਼ਿਆਰਪੁਰ ਦੇ ਵਿਪਾਸਨਾ ਕੇਂਦਰ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਵੀ ਕੇਜਰੀਵਾਲ ਵਿਪਾਸਨਾ ਕੇਂਦਰ ਜਾ ਚੁੱਕੇ ਹਨ। ਧਿਆਨ ਰਹੇ ਕਿ ਜਦੋਂ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਕੂਲਾਂ ਦਾ ਦੌਰਾ ਕੀਤਾ ਸੀ, ਉਸ ਸਮੇਂ ਵੀ ਕਾਫੀ ਵਿਵਾਦ ਹੋਇਆ ਸੀ। ਹੁਣ ਫਿਰ ਵਿਰੋਧੀ ਸਿਆਸੀ ਪਾਰਟੀਆਂ ਨੇ ਕੇਜਰੀਵਾਲ ਦੇ ਪੰਜਾਬ ਦੌਰੇ ਨੂੰ ਲੈ ਕੇ ਭਗਵੰਤ ਮਾਨ ਦੀ ਸਰਕਾਰ ’ਤੇ ਸਵਾਲ ਚੁੱਕੇ ਹਨ। ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਵਿਚ ਦਿੱਲੀ ਦਾ ਦਖਲ ਵਧਦਾ ਜਾ ਰਿਹਾ ਹੈ ਅਤੇ ਸੀਐਮ ਭਗਵੰਤ ਮਾਨ ਇਸ ਵੱਲ ਧਿਆਨ ਨਹੀਂ ਦੇ ਰਹੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਕੇਜਰੀਵਾਲ ਅਤੇ ਸਿਸੋਦੀਆ ਦੋਵੇਂ ਹੀ ਹਾਰ ਗਏ ਸਨ।

 

ਕਿਹਾ : ਨਸ਼ਾ ਤਸਕਰ ਜਾਂ ਪੰਜਾਬ ਛੱਡ ਦੇਣ ਜਾਂ ਇਹ ਕਾਰੋਬਾਰ

ਚੰਡੀਗੜ੍ਹ/ਬਿਊਰੋ ਨਿਊਜ਼

ਨਸ਼ਿਆਂ ’ਤੇ ਵਾਰ ਤਹਿਤ ਮੁਹਿੰਮ ਸੰਬੰਧੀ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਪੰਜਾਬ ਸਰਕਾਰ ਵਲੋਂ ਸਿੱਧੀ ਚਿਤਾਵਨੀ ਦਿੱਤੀ ਗਈ ਹੈ ਕਿ ਜਾਂ ਤਾਂ ਉਹ ਇਹ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਰੰਗਲਾ ਪੰਜਾਬ ਬਣਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 30 ਹਜ਼ਾਰ ਤੋਂ ਜ਼ਿਆਦਾ ਨਸ਼ੇ ਦੇ ਕੇਸ ਦਰਜ ਕੀਤੇ ਗਏ ਹਨ ਤੇ ਨਸ਼ਾ ਤਸਕਰਾਂ ਦੀ 612 ਕਰੋੜ ਰੁਪਏ ਦੀ ਸੰਪਤੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਨਸ਼ਿਆਂ ਦੇ ਮੁੱਦੇ ’ਤੇ ਪਿਛਲੀਆਂ ਸਰਕਾਰਾਂ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਲੰਘੇ 3 ਸਾਲਾਂ ਵਿਚ 6500 ਤੋਂ ਜ਼ਿਆਦਾ ਨਸ਼ਾ ਤਸਕਰਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ।

 

ਪਾਰਸ ਹੈਲਥ, ਪੰਚਕੂਲਾ ਨੇ ਉੱਤਰੀ ਭਾਰਤ ਦਾ ਪਹਿਲਾ ਲੀਡ ਰਹਿਤ ਪੇਸਮੇਕਰ AVEIR ਸਫਲਤਾਪੂਰਵਕ ਲਗਾਇਆ 

ਪੰਚਕੂਲਾ/ਬਿਊਰੋ ਨਿਊਜ਼

ਪਾਰਸ ਹੈਲਥ, ਪੰਚਕੂਲਾ ਨੇ ਉੱਤਰੀ ਭਾਰਤ ਵਿੱਚ ਮੈਡੀਸਨ ਦੇ ਖੇਤਰ ਵਿੱਚ ਇੱਕ ਨਵੀਂ ਉਪਲਬਧੀ ਹਾਸਲ ਕੀਤੀ ਹੈ। ਹਸਪਤਾਲ ਨੇ ਇੱਕ 77 ਸਾਲਾ ਮਰੀਜ਼ ਵਿੱਚ ਇੱਕ  ਲੀਡ ਰਹਿਤ ਪੇਸਮੇਕਰ AVEIR ਨੂੰ ਸਫਲਤਾਪੂਰਵਕ ਲਗਾਇਆ, ਜੋ ਕਿ ਦਿਲ ਦੀ ਦੇਖਭਾਲ ਵਿੱਚ ਇੱਕ ਕ੍ਰਾਂਤੀਕਾਰੀ ਕਦਮ ਹੈ। ਇਸ ਅਤਿ-ਆਧੁਨਿਕ ਯੰਤਰ ਨੂੰ ਗਲੋਬਲ ਹੈਲਥਕੇਅਰ ਕੰਪਨੀ ਐਬਟ ਨੇ ਤਿਆਰ ਕੀਤਾ ਹੈ। ਮਰੀਜ਼, ਜਿਸ ਨੇ ਪਹਿਲਾਂ ਕੋਰੋਨਰੀ ਆਰਟਰੀ ਬਾਈਪਾਸ ਗ੍ਰਾਫਟ ਸਰਜਰੀ ਕਰਵਾਈ ਸੀ, ਨੂੰ ਵਾਰ-ਵਾਰ ਬੇਹੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਵਿਸਤਿ੍ਰਤ ਜਾਂਚ ਤੋਂ ਬਾਅਦ ਉਸਨੂੰ 2:1 ਏਵੀ ਬਲਾਕ, ਦਿਲ ਦੀ ਗਤੀ ਦੀ ਅਨਿਯਮਿਤਤਾ ਦਾ ਇੱਕ ਗੰਭੀਰ ਰੂਪ ਜਿਸ ਲਈ ਪੇਸਮੇਕਰ ਦੀ ਲੋੜ ਹੁੰਦੀ ਹੈ, ਦਾ ਪਤਾ ਲੱਗਿਆ। ਇਸ ਗੁੰਝਲਦਾਰ ਪ੍ਰਕਿਰਿਆ ਦੀ ਅਗਵਾਈ ਹਸਪਤਾਲ ਦੇ ਕਾਰਡੀਅਕ ਸਾਇੰਸਜ਼ ਦੇ ਚੇਅਰਮੈਨ ਡਾ. ਅਨੁਰਾਗ ਸ਼ਰਮਾ ਅਤੇ ਉਨ੍ਹਾਂ ਦੀ ਤਜਰਬੇਕਾਰ ਟੀਮ ਨੇ ਕੀਤੀ। ਡਾ: ਸ਼ਰਮਾ ਨੇ ਕਿਹਾ ਕਿ ਏਵੀਆਈਆਰ ਪੇਸਮੇਕਰ ਦਿਲ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋਵੇਗਾ। ਇਹ ਮਰੀਜ਼ਾਂ ਨੂੰ ਰਵਾਇਤੀ ਪੇਸਮੇਕਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਾਏਗਾ ਅਤੇ ਉਨ੍ਹਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਵੀ ਸੁਧਾਰ ਕਰੇਗਾ।

ਲੀਡ ਰਹਿਤ ਪੇਸਮੇਕਰ ਵਿਸ਼ੇਸ਼ ਤੌਰ ’ਤੇ ਬਜ਼ੁਰਗ ਮਰੀਜ਼ਾਂ ਜਾਂ ਲਾਗਾਂ ਤੋਂ ਪੀੜਤ ਲੋਕਾਂ ਲਈ ਫਾਇਦੇਮੰਦ ਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਲੀਡਾਂ ਅਤੇ ਸਰਜੀਕਲ ਪੌਕਟ ਦੀ ਲੋੜ ਨਹੀਂ ਹੁੰਦੀ ਹੈ। ਇਸ ’ਚ ਹੱਥ ਨੂੰ ਹਿਲਾਉਣ ’ਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਉਨ੍ਹਾਂ ਕਿਹਾ ਕਿ ਜਿਹੜੇ ਮਰੀਜ਼ ਵਾਰ-ਵਾਰ ਬੇਹੋਸ਼ੀ, ਸਾਹ ਲੈਣ ਵਿੱਚ ਤਕਲੀਫ਼ ਜਾਂ ਦਿਲ ਦੀ ਅਸਧਾਰਨ ਤਾਲ ਤੋਂ ਪੀੜਤ ਹੁੰਦੇ ਹਨ, ਉਨ੍ਹਾਂ ਨੂੰ ਸਮੇਂ ਸਿਰ ਆਪਣੇ ਦਿਲ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇੱਕ 72-ਘੰਟੇ ਜਾਂ 7-ਦਿਨ ਦਾ ਹੋਲਟਰ ਟੈਸਟ ਇਹਨਾਂ ਸਮੱਸਿਆਵਾਂ ਦੀ ਪਛਾਣ ਕਰਨ ਵਿੱਚ ਮਦਦ ਕਰ ਸਕਦਾ ਹੈ। ਜੇ ਏਵੀ ਬਲਾਕ ਵਰਗੀ ਸਥਿਤੀ ਪਾਈ ਜਾਂਦੀ ਹੈ, ਤਾਂ ਇੱਕ ਪੇਸਮੇਕਰ ਜੀਵਨ ਬਚਾਉਣ ਵਾਲਾ ਸਾਬਤ ਹੋ ਸਕਦਾ ਹੈ। ਇਸ ਸਫਲਤਾ ਦੇ ਨਾਲ, ਪਾਰਸ ਹੈਲਥ, ਪੰਚਕੂਲਾ ਰਾਜ ਦੇ ਆਧੁਨਿਕ ਕਾਰਡੀਆਕ ਕੇਅਰ ਵਿੱਚ ਇੱਕ ਮੋਹਰੀ ਬਣਿਆ ਹੋਇਆ ਹੈ। ਇਹ ਪ੍ਰਾਪਤੀ ਭਾਰਤ ਵਿੱਚ ਮੈਡੀਕਲ ਜਗਤ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਸਾਬਤ ਹੋਵੇਗੀ ਅਤੇ ਦਿਲ ਦੇ ਮਰੀਜ਼ਾਂ ਨੂੰ ਬਿਹਤਰ ਅਤੇ ਸੁਰੱਖਿਅਤ ਜ਼ਿੰਦਗੀ ਜਿਊਣ ਦਾ ਮੌਕਾ ਪ੍ਰਦਾਨ ਕਰੇਗੀ।  

 

 

 

 

 

 

 

 

 

  

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉੱਚ ਪੱਧਰੀ ਬੈਠਕ ਵਿਚ ਨਵੀਂ ਨੀਤੀ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਸਰਕਾਰ ਦਾ ਸਾਰਾ ਧਿਆਨ ਇਸ ਵੇਲੇ ਨਸ਼ਿਆਂ ਦੀ ਅਲਾਮਤ ਨੂੰ ਠੱਲ ਪਾਉਣ ਤੇ ਪੀੜਤਾਂ ਦੇ ਮੁੜ ਵਸੇਬੇ ਲਈ ਇੱਕ ਪ੍ਰਭਾਵਸ਼ਾਲੀ ਤੇ ਕਾਰਗਰ ਨੀਤੀ ਤਿਆਰ ਕਰਨ ਵੱਲ ਹੈ। ਇਸੇ ਕੜੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ੁੱਕਰਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੰਡੀਗੜ੍ਹ ਵਿਚ ਮੁਲਾਕਾਤ ਕੀਤੀ। ਬੈਠਕ ਦੌਰਾਨ ਮੁੱਖ ਮੰਤਰੀ ਨੇ ਨਵੀਂ ਨਸ਼ਾ ਰੋਕੂ ਅਤੇ ਮੁੜਵਸੇਬਾ ਨੀਤੀ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਚਰਚਾ ਕੀਤੀ ਤੇ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਨਿਜਾਤ ਲਈ ਇਸ ਨੀਤੀ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ। ਮੁੱਖ ਮੰਤਰੀ ਨੇ ਸਾਫ ਕਰ ਦਿੱਤਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਤੇ ਲੋੜ ਪੈਣ ’ਤੇ ਇਨ੍ਹਾਂ ਜਾਇਦਾਦਾਂ ਉੱਤੇ ਬੁਲਡੋਜ਼ਰ ਵੀ ਚਲਾਏ ਜਾਣਗੇ। ਬੈਠਕ ਵਿਚ ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀਜ਼ ਨੂੰ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। 

ਪੰਜਾਬ ਸਰਕਾਰ ਵੀ ਉਤਰਾਖੰਡ ਸਰਕਾਰ ਤੱਕ ਕਰੇ ਪਹੁੰਚ : ਗਿਆਨੀ ਰਘਬੀਰ ਸਿੰਘ

ਅੰਮਿ੍ਰਤਸਰ/ਬਿਊਰੋ ਨਿਊਜ਼

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਸਿੱਖ ਵਪਾਰੀ ਦੀ ਫਿਰਕੂ ਸਮੂਹ ਵਲੋਂ ਕੀਤੀ ਗਈ ਕੁੱਟਮਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਨੂੰ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਅਧਿਕਾਰਾਂ ਤੇ ਆਜ਼ਾਦੀ ਉਤੇ ਹਮਲਾ ਕਰਾਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਵੱਖ-ਵੱਖ ਧਰਮਾਂ, ਭਾਈਚਾਰਿਆਂ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਣਾ ਹਰੇਕ ਜ਼ਮਹੂਰੀ ਸਰਕਾਰ ਦਾ ਬੁਨਿਆਦੀ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਰਿਸ਼ੀਕੇਸ਼ ਵਿਚ ਇਕ ਮਾਮੂਲੀ ਤਕਰਾਰ ਨੂੰ ਲੈ ਕੇ ਭੜਕੀ ਭੀੜ ਵਲੋਂ ਇਕ ਸਿੱਖ ਵਪਾਰੀ ਦੀ ਦਸਤਾਰ ਅਤੇ ਕੇਸਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਨਾ ਇਸ ਦੇਸ਼ ਦੀ ਜ਼ਮਹੂਰੀਅਤ ਲਈ ਬੇਹੱਦ ਸ਼ਰਮਨਾਕ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬੇਸ਼ੱਕ ਸ਼੍ਰੋਮਣੀ ਕਮੇਟੀ ਨੇ ਇਸ ਘਟਨਾ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਉੱਤਰਾਖੰਡ ਪੁਲਿਸ ਨੂੰ ਪੱਤਰ ਲਿਖ ਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਮੰਗ ਕੀਤੀ ਹੈ, ਪਰ ਪੰਜਾਬ ਸਰਕਾਰ ਦਾ ਵੀ ਫਰਜ਼ ਬਣਦਾ ਹੈ ਕਿ ਉਹ ਵੀ ਉੱਤਰਾਖੰਡ ਸਰਕਾਰ ਕੋਲ ਇਸ ਮਾਮਲੇ ਨੂੰ ਲੈ ਕੇ ਪਹੁੰਚ ਕਰੇ। 

 

ਨਸ਼ਿਆਂ ਦੀ ਰੋਕਥਾਮ ਲਈ ਬਣਾਈ ਪੰਜ ਮੈਂਬਰੀ ਕਮੇਟੀ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ‘ਨਸ਼ਿਆਂ ਉਤੇ ਵਾਰ’ ਤਹਿਤ ਵੱਡਾ ਕਦਮ ਚੁੱਕਿਆ ਗਿਆ ਹੈ। ਸੂਬਾ ਸਰਕਾਰ ਨੇ ਨਸ਼ਿਆਂ ਦੀ ਰੋਕਥਾਮ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਬਣਾਈ ਹੈ। ਕਮੇਟੀ ਦੀ ਮਹੱਤਵਪੂਰਨ ਭੂਮਿਕਾ ਨਸ਼ਿਆਂ ਸੰਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਨਿਗਰਾਨੀ ਕਰਨਾ ਹੋਵੇਗੀ। ਕਮੇਟੀ ਦੀ ਪ੍ਰਧਾਨਗੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਜਾਵੇਗੀ। ਇਸਦੇ ਨਾਲ ਹੀ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸਿੰਘ ਸੋਂਧ ਇਸ ਕਮੇਟੀ ਦੇ ਮੈਂਬਰ ਹੋਣਗੇ। ਪੰਜਾਬ ਸਰਕਾਰ ਨੇ ਸੂਬੇ ਵਿਚ ਨਸ਼ਿਆਂ ’ਤੇ ਨਕੇਲ ਕਸਣ ਲਈ ਇਹ ਕਮੇਟੀ ਬਣਾਈ ਹੈ ਅਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸਰਕਾਰ ਵਲੋਂ ਸਖਤ ਰਵੱਈਆ ਅਖਤਿਆਰ ਕੀਤਾ ਜਾ ਰਿਹਾ ਹੈ।   

 

ਅੰਤਿ੍ਰੰਗ ਕਮੇਟੀ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਹਰਜਿੰਦਰ ਸਿੰਘ ਧਾਮੀ ਦੇ ਘਰ ਪੁੱਜੇ

ਹੁਸ਼ਿਆਰਪੁਰ/ਬਿਊਰੋ ਨਿਊਜ਼ 

ਅੰਤਿ੍ਰੰਗ ਕਮੇਟੀ ਦੇ ਪੰਜ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ। ਇਨ੍ਹਾਂ ਆਗੂਆਂ ’ਚ ਬਲਦੇਵ ਸਿੰਘ ਕਲਿਆਣ, ਬਲਦੇਵ ਸਿੰਘ ਕੈਮਪੁਰੀ, ਸੁਰਜੀਤ ਸਿੰਘ ਤੁਗਲਵਾਲ, ਬੀਬੀ ਹਰਜਿੰਦਰ ਕੌਰ ਆਦਿ ਸ਼ਾਮਲ ਸਨ। ਕਰੀਬ ਡੇਢ ਘੰਟਾ ਚੱਲੀ ਮੀਟਿੰਗ ਮਗਰੋਂ ਕਮੇਟੀ ਮੈਂਬਰ ਕਲਿਆਣ ਸਿੰਘ ਨੇ ਕਿਹਾ ਕਿ ਧਾਮੀ ਨਾਲ ਮੀਟਿੰਗ ਸੁਖਾਵੇਂ ਮਾਹੌਲ ’ਚ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਪੰਥ ਦੀ ਭਲਾਈ ਲਈ ਧਾਮੀ ਆਪਣਾ ਫੈਸਲਾ ਬਦਲ ਕੇ ਸੇਵਾਵਾਂ ਚਾਲੂ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਧਾਮੀ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਸੇਵਾਵਾਂ ਬਤੌਰ ਪ੍ਰਧਾਨ ਮੁੜ ਨਿਭਾਉਣ। ਜ਼ਿਕਰਯੋਗ ਹੈ ਕਿ ਧਾਮੀ ਨੇ ਪਿਛਲੇ ਦਿਨੀਂ ਐਸਜੀਪੀਸੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ।

 

ਜਥੇਦਾਰ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨ ਦੇ ਫੈਸਲੇ ਨਾਲ ਸਿੱਖਾਂ ’ਚ ਰੋਸ : ਡਾ. ਨਿੱਝਰ

ਅੰਮਿ੍ਰਤਸਰ/ਬਿਊਰੋ ਨਿਊਜ਼

ਪੰਥਕ ਸੰਕਟ ’ਤੇ ਚਿੰਤਾ ਪ੍ਰਗਟ ਕਰਦਿਆਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨ ਦੇ ਫੈਸਲੇ ਨਾਲ ਸਿੱਖ ਜਗਤ ’ਚ ਰੋਸ ਹੈ। ਉਨ੍ਹਾਂ ਕਿਹਾ ਕਿ ਪੰਥ ਦੀ ਮੰਗ ਅਨੁਸਾਰ ਤਖ਼ਤ ਸਾਹਿਬਾਨ ਦਾ ਪ੍ਰਬੰਧ ਅਤੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ, ਕਾਰਜ ਖੇਤਰ ਅਤੇ ਅਧਿਕਾਰ ਖੇਤਰ ਦੇ ਨਿਯਮ ਐਸਜੀਪੀਸੀ ਦੇ ਐਕਟ ਤੋਂ ਬਾਹਰ ਖਾਲਸਾ ਪੰਥ ਦੀ ਅਗਵਾਈ ਹੇਠ ਹੀ ਹੋਣੇ ਚਾਹੀਦੇ ਹਨ। ਦੋਵੇਂ ਆਗੂਆਂ ਨੇ ਕਿਹਾ ਕਿ ਇਸ ਸੰਕਟ ਦਾ ਮੁੱਖ ਕਾਰਨ ਇਹ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਅਰਾ ਐਕਟ ਨੂੰ ਆਧਾਰ ਬਣਾ ਕੇ ਤਖ਼ਤ ਸਾਹਿਬਾਨ ਅਤੇ ਜਥੇਦਾਰਾਂ ਬਾਰੇ ਮਨਮਰਜ਼ੀ ਨਾਲ ਫੈਸਲਾ ਲੈ ਰਹੀ ਹੈ, ਜਿਸ ਕਰਕੇ ਤਖਤਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਵਿਵਾਦ ਪੈਦਾ ਹੋ ਰਿਹਾ ਹੈ। ਦੀਵਾਨ ਦੇ ਆਗੂਆਂ ਨੇ ਇਸ ਸਮੱਸਿਆ ਦੇ ਹੱਲ ਲਈ ਸਮੁੱਚੀ ਕੌਮ ਨੂੰ ਇਕ ਮੰਚ ’ਤੇ ਇੱਕਠੇ ਹੋਣ ਦਾ ਸੱਦਾ ਦਿੱਤਾ ਅਤੇ ਜਥੇਦਾਰਾਂ ਦੇ ਸੇਵਾ ਨਿਯਮਾਂ ਦੇ ਸਬੰਧ ’ਚ ਵਿਧੀ ਵਿਧਾਨ ਲਾਗੂ ਕਰਵਾਉਣ ਲਈ ਇਕਜੁੱਟ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.