Saturday, 18 April 2026

ਹਰਜਿੰਦਰ ਸਿੰਘ ਧਾਮੀ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਕੀਤੀ ਅਪੀਲ

ਅੰਮਿ੍ਰਤਸਰ/ਬਿਊਰੋ ਨਿਊਜ਼  

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਅੰਮਿ੍ਰਤਸਰ ਵਿਚ ਹੋਈ ਹੈ। ਇਹ ਇਕੱਤਰਤਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਕੱਤਰਤਾ ਦੌਰਾਨ ਧਾਮੀ ਦੇ ਅਸਤੀਫੇ ਨੂੰ ਲੈ ਕੇ ਅੰਤਰਿੰਗ ਕਮੇਟੀ ਵੱਲੋਂ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ ਤੇ ਫਿਲਹਾਲ ਅਸਤੀਫੇ ਨੂੰ ਮਨਜ਼ੂਰ ਨਹੀਂ ਕੀਤਾ ਗਿਆ ਹੈ। ਹੁਣ ਅੰਤਰਿੰਗ ਕਮੇਟੀ ਦੇ ਮੈਂਬਰ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫਾ ਵਾਪਸ ਲੈਣ ਲਈ ਮਨਾਉਣ ਵਾਸਤੇ ਜਾਣਗੇ ਅਤੇ ਅਸਤੀਫੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਨਗੇ। ਇਸਦੇ ਨਾਲ ਹੀ ਅੰਤਿ੍ਰੰਗ ਕਮੇਟੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਫੈਸਲਾ ਹਰਜਿੰਦਰ ਸਿੰਘ ਧਾਮੀ ਵਲੋਂ ਇਕਲਿਆਂ ਨਹੀਂ ਲਿਆ ਗਿਆ ਸੀ, ਇਹ ਕਮੇਟੀ ਦਾ ਫੈਸਲਾ ਸੀ। ਅੰਤਰਿੰਗ ਕਮੇਟੀ ਨੇ ਹਰਜਿੰਦਰ ਸਿੰਘ ਧਾਮੀ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਹੈ। 

ਕਿਹਾ : ਪੰਜਾਬੀਆਂ ਦੀ ਲੁੱਟ ਰੋਕਣ ਲਈ ਸਾਰੀਆਂ ਧਿਰਾਂ ਹੰਭਲਾ ਮਾਰਨ 

ਮੁਹਾਲੀ/ਬਿਊਰੋ ਨਿਊਜ਼ 

ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਪੰਜਾਬ ’ਚ ਫੈਲੇ ਫਰਜ਼ੀ ਟਰੈਵਲ ਏਜੰਟਾਂ ਦੇ ਨੈੱਟਵਰਕ ’ਤੇ ਚਿੰਤਾ ਪ੍ਰਗਟ ਕੀਤੀ। ਰਾਮੂਵਾਲੀਆ ਨੇ ਕਿਹਾ ਕਿ ਹਰ ਪਾਸੇ ਪੰਜਾਬੀਆਂ ਦੀ ਹੁੰਦੀ ਲੁੱਟ ਦਾ ਮਾਮਲਾ ਭਖਿਆ ਹੋਇਆ ਤੇ ਪੰਜਾਬ ਦੇ ਕੈਬਨਿਟ ਮੰਤਰੀ, ਵਿਧਾਇਕ ਤੇ ਸੰਸਦ ਮੈਂਬਰ ਤਮਾਸ਼ਬੀਨ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਲੱਖਾਂ ਪੰਚ-ਸਰਪੰਚ, ਧਾਰਮਿਕ ਹਸਤੀਆਂ, ਬੁੱਧੀਜੀਵੀ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਫਰਜ਼ੀ ਟਰੈਵਲ ਏਜੰਟਾਂ ਵਿਰੁੱਧ ਚੁੱਪ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਦੀ ਲੁੱਟ ਰੋਕਣ ਲਈ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਖਾਮੋਸ਼ ਹਨ। ਇਸ ਸੰਵੇਦਨਸ਼ੀਲ ਮੁੱਦੇ ’ਤੇ ਸਾਰੀਆਂ ਧਿਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਂਝਾ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫਰਜ਼ੀ ਟਰੈਵਲ ਏਜੰਟਾਂ ਵੱਲੋਂ ਨੌਜਵਾਨਾਂ ਦੀ ਲੁੱਟ ਵਿਰੁੱਧ ਲੋਕ ਭਲਾਈ ਪਾਰਟੀ ਹਮੇਸ਼ਾ ਲੜਦੀ ਰਹੀ ਹੈ ਅਤੇ ਲੜਦੀ ਰਹੇਗੀ।

ਦਿੱਲੀ ਦੇ ਨਕਾਰੇ ਮਾਡਲ ਨੂੰ ਪੰਜਾਬ ’ਚ ਲਾਗੂ ਕਰਨ ਦੀ ਕੋਸ਼ਿਸ਼ : ਵਿਰੋਧੀ ਦਲ

ਚੰਡੀਗੜ੍ਹ/ਬਿਊਰੋ ਨਿਊਜ਼ 

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵਲੋਂ ਪੰਜਾਬ ਦੇ ਸਕੂਲਾਂ ਦੇ ਕੀਤੇ ਜਾ ਰਹੇ ਦੌਰਿਆਂ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਇਸ ’ਤੇ ਸਵਾਲ ਵੀ ਖੜ੍ਹੇ ਕੀਤੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਦਿੱਲੀ ਮਾਡਲ ਹੁਣ ਫੇਲ੍ਹ ਹੋ ਚੁੱਕਾ ਹੈ ਅਤੇ ਉਸ ਨੂੰ ਹੁਣ ਪੰਜਾਬ ਦੇ ਸਕੂਲਾਂ ਵਿਚ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਅਜਿਹਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਕੋਲੋਂ ਅਸਤੀਫਾ ਲੈ ਲੈਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਜਗ੍ਹਾ ਮਨੀਸ਼ ਸਿਸੋਦੀਆ ਨੂੰ ਸਿੱਖਿਆ ਮੰਤਰੀ ਬਣਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਸਿਸੋਦੀਆ ਨੇ ਹੀ ਪੰਜਾਬ ਦੇ ਸਕੂਲਾਂ ਦੇ ਦੌਰੇ ਕਰਨੇ ਹਨ ਤਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੀ ਵੈਲਿਯੂ ਰਹਿ ਜਾਵੇਗੀ। 

 

ਜ਼ਖਮੀ ਵਿਅਕਤੀਆਂ ਨੂੰ ਹਸਪਤਾਲ ’ਚ ਕਰਵਾਇਆ ਗਿਆ ਭਰਤੀ

ਚੰਡੀਗੜ੍ਹ/ਬਿਊਰੋ ਨਿਊਜ਼

ਅੱਜ ਮੰਗਲਵਾਰ ਸਵੇਰੇ ਅਬੋਹਰ ਤੋਂ ਫਰੀਦਕੋਟ ਜਾ ਰਹੀ ਦੀਪ ਟਰਾਂਸਪੋਰਟ ਕੰਪਨੀ ਦੀ ਬੱਸ ਫਰੀਦਕੋਟ ਸ਼ਹਿਰ ਦੇ ਬਾਹਰਵਾਰ ਸੇਮ ਨਾਲੇ ਵਿੱਚ ਡਿੱਗ ਪਈ। ਮਿਲੀ ਜਾਣਕਾਰੀ ਅਨੁਸਾਰ ਇਹ ਤੇਜ਼ ਰਫਤਾਰ ਬੱਸ ਪਹਿਲਾਂ ਇੱਕ ਟਰਾਲੇ ਨਾਲ ਟਕਰਾਈ ਅਤੇ ਉਸ ਤੋਂ ਬਾਅਦ ਸੇਮ ਨਾਲੇ ਵਿੱਚ ਡਿੱਗ ਪਈ। ਇਸ ਹਾਦਸੇ ਵਿੱਚ ਇੱਕ ਮਹਿਲਾ ਸਣੇ ਪੰਜ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ 20 ਤੋਂ ਜ਼ਿਆਦਾ ਵਿਅਕਤੀ ਜ਼ਖਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ ’ਤੇ ਪੁੱਜੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਦੋ ਵਿਅਕਤੀਆਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ, ਜਦੋਂਕਿ ਬਾਕੀਆਂ ਦਾ ਫਰੀਦਕੋਟ ਦੇ ਹਸਪਤਾਲ ਵਿਚ ਹੀ ਇਲਾਜ ਚੱਲ ਰਿਹਾ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ’ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਵੀ ਲਿਆ ਹੈ।

ਵਿਜੇਇੰਦਰ ਸਿੰਗਲਾ, ਪਰਗਟ ਸਿੰਘ ਤੇ ਰਾਣਾ ਗੁਰਜੀਤ ਸਿੰਘ ਦੇ ਨਾਵਾਂ ਦੀ ਵੀ ਚਰਚਾ

ਚੰਡੀਗੜ੍ਹ/ਬਿਊਰੋ ਨਿਊਜ਼   

ਭੁਪੇਸ਼ ਬਘੇਲ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਗਾਏ ਜਾਣ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੀਆਂ ਅਟਕਲਾਂ ਨੇ ਜ਼ੋਰ ਫੜ ਲਿਆ ਹੈ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਅਗਾਮੀ ਦਿਨਾਂ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪਾਰਟੀ ਨੂੰ ਨਵਾਂ ਪ੍ਰਧਾਨ ਮਿਲ ਜਾਵੇਗਾ। ਪੰਜਾਬ ਕਾਂਗਰਸ ਦੀ ਪ੍ਰਧਾਨਗੀ ਹਾਸਲ ਕਰਨ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਮ ਦੀ ਚਰਚਾ ਵੀ ਚੱਲ ਰਹੀ ਹੈ। ਇਸੇ ਤਰ੍ਹਾਂ ਵਿਜੇਇੰਦਰ ਸਿੰਗਲਾ, ਰਾਣਾ ਗੁਰਜੀਤ ਸਿੰਘ ਅਤੇ ਪਰਗਟ ਸਿੰਘ ਵੀ ਪ੍ਰਧਾਨਗੀ ਦੀ ਦੌੜ ਵਿਚ ਸ਼ਾਮਲ ਹਨ। ਕਾਂਗਰਸੀ ਹਲਕਿਆਂ ਵਿਚ ਚਰਚਾ ਹੈ ਕਿ ਇਸ ਮਹੀਨੇ ਜਾਂ ਫਿਰ ਮਾਰਚ ਵਿਚ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਉਧਰ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਲਈ 70 ਦੇ ਕਰੀਬ ਨਵੇਂ ਚਿਹਰਿਆਂ ਦੀ ਚੋਣ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਨੌਜਵਾਨ ਆਗੂਆਂ ਨੂੰ ਸਿਆਸੀ ਖੇਤਰ ਵਿਚ ਵਧਣ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। 

ਸਿੱਖ ਜਥੇਬੰਦੀਆਂ ਵੱਲੋਂ ਧਾਮੀ ਦਾ ਅਸਤੀਫਾ ਦੁਖਦਾਈ ਕਰਾਰ

ਅੰਮਿ੍ਰਤਸਰ/ਬਿਊਰੋ ਨਿਊਜ਼  

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫੇ ਨਾਲ ਅਕਾਲੀ ਦਲ ਦਾ ਸੰਕਟ ਹੋਰ ਵਧ ਗਿਆ ਹੈ। ਇਸੇ ਦੌਰਾਨ ਧਾਮੀ ਦੇ ਅਸਤੀਫੇ ਨੂੰ ਸਿੱਖ ਜਥੇਬੰਦੀਆਂ ਨੇ ਦੁਖਦਾਈ ਕਰਾਰ ਦਿੱਤਾ ਹੈ। ਵੱਖ-ਵੱਖ ਆਗੂਆਂ ਨੇ ਅਕਾਲੀ ਦਲ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜਲੀਲ ਕਰਕੇ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ ਜਾਂ ਫਿਰ ਅਜਿਹਾ ਦਬਾਅ ਬਣਾਇਆ ਜਾ ਰਿਹਾ ਹੈ ਕਿ ਵਿਅਕਤੀ ਖੁਦ ਹੀ ਮਜਬੂਰ ਹੋ ਕੇ ਬਾਹਰ ਚਲਾ ਜਾਵੇ। ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਇਸੇ ਤਰ੍ਹਾਂ ਸਾਬਕਾ ਜਥੇਦਾਰ ਅਤੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਬੇਬਸੀ ਅਤੇ ਆਤਮਾ ਉੱਤੇ ਬਣੇ ਭਾਰੀ ਬੋਝ ਕਾਰਨ ਧਾਮੀ ਨੇ ਅਸਤੀਫਾ ਦਿੱਤਾ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਉਨ੍ਹਾਂ ’ਤੇ ਕਿੰਨਾ ਦਬਾਅ ਹੋਵੇਗਾ। ਇਸੇ ਦੌਰਾਨ ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਪਰਮਿੰਦਰ ਸਿੰਘ ਢੀਂਡਸਾ ਅਤੇ ਚਰਨਜੀਤ ਸਿੰਘ ਬਰਾੜ ਨੇ ਵੀ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਸਤੀਫਾ ਦੇਣ ਨਾਲ ਪੰਥਕ ਸੰਕਟ ਹੋਰ ਡੂੰਘਾ ਹੋਵੇਗਾ। 

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 87 ਦਿਨ

ਚੰਡੀਗੜ੍ਹ/ਬਿਊਰੋ ਨਿਊਜ਼ 

ਕੇਂਦਰ ਸਰਕਾਰ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਵਿਚਾਲੇ 6ਵੇਂ ਗੇੜ ਦੀ ਮੀਟਿੰਗ 22 ਫਰਵਰੀ ਦਿਨ ਸ਼ਨੀਵਾਰ ਨੂੰ ਚੰਡੀਗੜ੍ਹ ਵਿਚ ਸ਼ਾਮੀਂ 6 ਵਜੇ ਹੋਵੇਗੀ। ਇਸ ਸਬੰਧੀ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸਕੱਤਰ ਪੂਰਨ ਚੰਦਰ ਕਿਸ਼ਨ ਵਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੂੰ ਰਸਮੀ ਸੱਦਾ ਪੱਤਰ ਵੀ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਲੰਘੀ 14 ਫਰਵਰੀ ਨੂੰ ਵੀ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ ਸੀ। ਉਧਰ ਦੂਜੇ ਪਾਸੇ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਰੱਖੇ ਗਏ ਮਰਨ ਵਰਤ ਨੂੰ ਅੱਜ 87 ਦਿਨ ਹੋ ਗਏ ਹਨ। ਜ਼ਿਕਰਯੋਗ ਹੈ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਦੇ ਬਾਰਡਰ ’ਤੇ ਕਿਸਾਨੀ ਅੰਦੋਲਨ ਚੱਲ ਰਿਹਾ ਹੈ।

 

ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਪਹਿਲੇ ਵਿਜੀਲੈਂਸ ਮੁਖੀ ਸਪੈਸ਼ਲ ਡੀਜੀਪੀ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਨਾਲ ਹੀ ਉਨ੍ਹਾਂ ਦੀ ਜਗ੍ਹਾ ਏਡੀਜੀਪੀ  ਜੀ. ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਮੁਖੀ ਦੀ ਜ਼ਿੰਮੇਵਾਰੀ ਦੇ ਦਿੱਤੀ ਗਈ ਹੈ। ਉਧਰ ਦੂਜੇ ਪਾਸੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਵੀ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਕਾਰਵਾਈ ਭਿ੍ਰਸ਼ਟਾਚਾਰ ਸਬੰਧੀ ਮਿਲੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਧਿਆਨ ਰਹੇ ਕਿ ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਵਲੋਂ ਸਾਰੇ ਵਿਭਾਗਾਂ ਦੇ ਮੁਖੀਆਂ, ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਇਹ ਨਿਰਦੇਸ਼ ਦਿੱਤਾ ਗਿਆ ਸੀ ਕਿ ਕਿਸੇ ਵੀ ਪ੍ਰਕਾਰ ਦਾ ਭਿ੍ਰਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਵਲੋਂ ਭਿ੍ਰਸ਼ਟਾਚਾਰ ਦੇ ਖਿਲਾਫ ਹੋਰ ਵੀ ਕਾਰਵਾਈਆਂ ਹੋਣ ਦੀ ਸੰਭਾਵਨਾ ਹੈ। 

127 ਪੰਜਾਬੀ ਨੌਜਵਾਨ ਅਮਰੀਕਾ ਤੋਂ ਹੋ ਚੁੱਕੇ ਹਨ ਡਿਪੋਰਟ

ਚੰਡੀਗੜ੍ਹ/ਬਿਊਰੋ ਨਿਊਜ਼

ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਨੌਜਵਾਨਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ। ਬਾਜਵਾ ਨੇ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਮਨੁੱਖੀ ਤਸਕਰੀ ਵਿੱਚ ਸ਼ਾਮਲ ਅਣਅਧਿਕਾਰਤ ਟਰੈਵਲ ਏਜੰਟਾਂ ਵਿਰੁੱਧ 30 ਦਿਨਾਂ ਦੇ ਅੰਦਰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਾਣ ਦੀ ਸ਼ਲਾਘਾ ਵੀ ਕੀਤੀ ਹੈ। ਉਨ੍ਹਾਂ ਅਦਾਲਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅਮਰੀਕਾ ਵੱਲੋਂ ਵਾਪਸ ਭੇਜੇ ਪੰਜਾਬੀਆਂ ਦੇ ਮੁੜ ਵਸੇਬੇ ਲਈ ਨਿਰਦੇਸ਼ ਦੇਵੇ। ਉਨ੍ਹਾਂ ਕਿਹਾ ਕਿ ਅਮਰੀਕਾ ’ਚ ਟਰੰਪ ਪ੍ਰਸ਼ਾਸਨ ਵੱਲੋਂ ਹੁਣ ਤੱਕ ਤਿੰਨ ਵੱਖ-ਵੱਖ ਜਹਾਜ਼ਾਂ ਰਾਹੀਂ 127 ਪੰਜਾਬੀਆਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਬਾਜਵਾ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਅਮਰੀਕਾ ਜਾਣ ਲਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨੂੰ 43 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਇਨ੍ਹਾਂ ਟਰੈਵਲ ਏਜੰਟਾਂ ਕੋਲੋਂ ਪੀੜਤਾਂ ਨੂੰ ਪੈਸੇ ਵਾਪਸ ਕਰਵਾਉਣੇ ਚਾਹੀਦੇ ਹਨ।

ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਸਨਮਾਨ ਵਜੋਂ ਇਹ ਅਸਤੀਫ਼ਾ ਦੇ ਰਹੇ ਹਨ। ਧਾਮੀ ਨੇ ਅੰਮਿ੍ਰਤਸਰ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਸ਼ੋ੍ਰਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਫਾਰਗ ਕਰਨ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਫੇਸਬੁੱਕ ’ਤੇ ਪਾਈ ਪੋਸਟ ਵਿਚ ਇਸ ਕਾਰਵਾਈ ਨੂੰ ਮੰਦਭਾਗਾ ਕਰਾਰ ਦਿੱਤਾ ਸੀ।  ਹਰਜਿੰਦਰ ਸਿੰਘ ਧਾਮੀ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸੱਤ ਮੈਂਬਰੀ ਕਮੇਟੀ ਵਿੱਚੋਂ ਵੀ ਹਟਾਇਆ ਜਾਵੇ। ਧਾਮੀ ਨੇ ਆਪਣਾ ਅਸਤੀਫਾ ਅੰਤਿ੍ਰੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਧਿਆਨ ਰਹੇ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ, 2021 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਸੀ ਅਤੇ ਉਹ ਤੀਜੀ ਵਾਰ ਪ੍ਰਧਾਨ ਬਣੇ ਸਨ। ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

 

ਅਰਵਿੰਦ ਕੇਜਰੀਵਾਲ ਸਾਡੀ ਪਾਰਟੀ ਦੇ ਰਾਸ਼ਟਰੀ ਆਗੂ : ਭਗਵੰਤ ਮਾਨ

ਚੰਡੀਗੜ੍ਹ/ਬਿਊਰੋ ਨਿਊਜ਼

ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਚਰਚਾ ਛਿੜ ਗਈ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਬਦਲਿਆ ਜਾ ਸਕਦਾ ਹੈ ਅਤੇ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਬਣ ਸਕਦੇ ਹਨ। ਇਸ ਨੂੰ ਲੈ ਕੇ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਤਰ੍ਹਾਂ-ਤਰ੍ਹਾਂ ਦੇ ਬਿਆਨ ਵੀ ਦਿੱਤੇ ਜਾ ਰਹੇ ਹਨ। ਹੁਣ ਜਦੋਂ ਮੀਡੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਬੰਧੀ ਸਵਾਲ ਪੁੱਛਿਆ ਤਾਂ ਸੀਐਮ ਮਾਨ ਨੇ ਇਸ ਨੂੰ ਅਫਵਾਹ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਦਲਿਆ ਜਾ ਰਿਹਾ। ਉਨ੍ਹਾਂ ਇਹ ਵੀ ਕਿਹਾ ਕਿ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਆਗੂ ਹਨ ਅਤੇ ਉਨ੍ਹਾਂ ਨੇ ਪੂਰੇ ਦੇਸ਼ ਵਿਚ ਪਾਰਟੀ ਨੂੰ ਚਲਾਉਣਾ ਹੈ। ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਪਾਰਟੀ ਦੇ ਕੰਮਾਂ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਜਾਣਾ ਪੈਂਦਾ ਹੈ। ਉਨ੍ਹਾਂ ਪੰਜਾਬ ਦਾ ਮੁੱਖ ਮੰਤਰੀ ਬਦਲਣ ਦੀਆਂ ਗੱਲਾਂ ਨੂੰ ਅਫਵਾਹ ਦੱਸਿਆ ਹੈ। ਸੀਐਮ ਮਾਨ ਨੇ ਕਿਹਾ ਕਿ ਜਿਹੜੇ ਵੀ ਪੰਜਾਬ ਦੇ ਨੌਜਵਾਨ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਹਨ, ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਇਨ੍ਹਾਂ ਨੌਜਵਾਨਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ। 

 

ਸ਼ੋ੍ਰਮਣੀ ਕਮੇਟੀ ਅਮਰੀਕਾ ਸਰਕਾਰ ਨੂੰ ਲਿਖੇਗੀ ਪੱਤਰ

ਅੰਮਿ੍ਰਤਸਰ/ਬਿਊਰੋ ਨਿਊਜ਼  

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਅਤੇ ਰਾਜਾਸਾਂਸੀ ਹਵਾਈ ਅੱਡੇ ’ਤੇ ਪਹੁੰਚੇ ਨੌਜਵਾਨਾਂ ਦੇ ਪੈਰਾਂ ਵਿੱਚ ਹੱਥਕੜੀਆਂ ਅਤੇ ਬੇੜੀਆਂ ਲਗਾਉਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਅਤੇ ਭਾਰਤ ਸਰਕਾਰ ਦੀ ਸਖਤ ਆਲੋਚਨਾ ਕੀਤੀ ਹੈ। ਐਸਜੀਪੀਸੀ ਦੇ ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਨੌਜਵਾਨਾਂ ਨੂੰ ਦਸਤਾਰਾਂ ਤੋਂ ਬਿਨਾਂ ਇੱਥੇ ਲਿਆਉਣ ਦੀ ਵੀ ਨਿੰਦਾ ਕੀਤੀ। ਗਰੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੁੱਛਿਆ ਕਿ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਦੇ ਬਾਵਜੂਦ ਇਹ ਮੁੱਦਾ ਕਿਉਂ ਨਹੀਂ ਉਠਾਇਆ? ਇਸੇ ਦੌਰਾਨ ਦਸਤਾਰ ਦੀ ਬੇਅਦਬੀ ਨੂੰ ਰੋਕਣ ਲਈ, ਸ਼੍ਰੋਮਣੀ ਕਮੇਟੀ ਨੇ ਹਵਾਈ ਅੱਡੇ ’ਤੇ ਸੀ.ਆਈ.ਐਸ.ਐਫ. ਤੋਂ ਦਸਤਾਰਾਂ ਲੈ ਕੇ ਨੌਜਵਾਨਾਂ ਦੇ ਸਿਰਾਂ ’ਤੇ ਬੰਨ੍ਹੀਆਂ ਹਨ। ਗਰੇਵਾਲ ਨੇ ਕਿਹਾ ਕਿ ਡਿਪੋਰਟ ਹੋਏ ਵਿਅਕਤੀਆਂ ਨੂੰ ਲੰਗਰ ਵੰਡਿਆ ਜਾ ਰਿਹਾ ਹੈ ਅਤੇ ਜਿਹੜੇ ਵਿਅਕਤੀ ਸ਼੍ਰੋਮਣੀ ਕਮੇਟੀ ਦੀਆਂ ਗੱਡੀਆਂ ਰਾਹੀਂ ਘਰ ਜਾਣਾ ਚਾਹੁੰਦੇ ਹਨ, ਉਨ੍ਹਾਂ ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ। ਐਂਬੂਲੈਂਸਾਂ ਅਤੇ ਹੋਰ ਬੱਸਾਂ ਤੋਂ ਇਲਾਵਾ, ਐਸਜੀਪੀਸੀ ਨੇ ਨੌਜਵਾਨਾਂ ਦੀ ਮਦਦ ਲਈ ਹੋਰ ਸਟਾਫ ਵੀ ਤਾਇਨਾਤ ਕੀਤਾ ਹੈ। ਗਰੇਵਾਲ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵਲੋਂ ਅਮਰੀਕੀ ਸਰਕਾਰ ਨੂੰ ਇੱਕ ਪੱਤਰ ਭੇਜਿਆ ਜਾਵੇਗਾ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.