Saturday, 18 April 2026

ਨਵੀਆਂ ਨਿਯੁਕੀਤੀਆਂ ਨਾਲ ਜੱਜਾਂ ਦੀ ਗਿਣਤੀ ਹੋਈ 53

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਨੇ ਅੱਜ ਚੰਡੀਗੜ੍ਹ ਵਿਚ ਹਰਮੀਤ ਸਿੰਘ ਗਰੇਵਾਲ ਅਤੇ ਦੀਪੇਂਦਰ ਸਿੰਘ ਨਲਵਾ ਨੂੰ ਵਧੀਕ ਜੱਜ ਵਜੋਂ ਸਹੁੰ ਚੁਕਾਈ ਹੈ। ਇਨ੍ਹਾਂ ਦੋ ਨਵੀਆਂ ਨਿਯੁਕਤੀਆਂ ਨਾਲ ਹੁਣ ਹਾਈਕੋਰਟ ਵਿੱਚ ਜੱਜਾਂ ਦੀ ਗਿਣਤੀ ਵਧ ਕੇ 53 ਹੋ ਗਈ ਹੈ। ਹਾਲਾਂਕਿ ਹਾਈਕੋਰਟ ’ਚ ਅਜੇ ਵੀ 32 ਜੱਜਾਂ ਦੀਆਂ ਅਸਾਮੀਆਂ ਖਾਲੀ ਹਨ। ਹਾਈਕੋਰਟ ਵਿੱਚ ਜੱਜਾਂ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਦੀ ਗਿਣਤੀ 85 ਹੈ। ਇਸ ਸਾਲ ਤਿੰਨ ਜੱਜ ਸੇਵਾਮੁਕਤ ਵੀ ਹੋ ਰਹੇ ਹਨ। ਧਿਆਨ ਰਹੇ ਕਿ ਜੱਜਾਂ ਦੀ ਨਿਯੁਕਤੀ ਲਈ ਲੰਬੀ ਤੇ ਗੁੰਝਲਦਾਰ ਪ੍ਰਕਿਰਿਆ ਹੁੰਦੀ ਹੈ, ਜਿਸ ਵਿੱਚ ਸੂਬਾ ਸਰਕਾਰਾਂ, ਰਾਜਪਾਲਾਂ, ਸੁਪਰੀਮ ਕੋਰਟ ਕੌਲਿਜ਼ੀਅਮ ਅਤੇ ਕੇਂਦਰੀ ਮੰਤਰਾਲੇ ਦੀ ਮਨਜ਼ੂਰੀ ਸ਼ਾਮਲ ਹਨ। 

177 ਸਾਲ ਪੁਰਾਣੇ ਮਕਾਨ ’ਚ ਤਿਆਰੀਆਂ ਹੋਈਆਂ ਸ਼ੁਰੂ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਜਲੰਧਰ ਵਿਚ ਬਾਰਾਂਦਰੀ ’ਚ ਸਥਿਤ 177 ਸਾਲ ਪੁਰਾਣੇ ਮਕਾਨ ਵਿਚ ਸ਼ਿਫਟ ਹੋ ਸਕਦੇ ਹਨ। ਇਸ 177 ਸਾਲ ਪੁਰਾਣੇ ਮਕਾਨ ਦਾ ਨੰਬਰ 01 ਹੈ ਅਤੇ ਇਹ ਉਹੀ ਘਰ ਹੈ, ਜਿੱਥੇ ਪਹਿਲਾਂ ਡਿਵੀਜ਼ਨ ਕਮਿਸ਼ਨਰ ਦਾ ਘਰ ਸੀ। ਮੀਡੀਆ ਰਿਪੋਰਟਾਂ ਅਨੁਸਾਰ ਹੁਣ ਇਸ ਘਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਰਹਿਣ ਵਾਸਤੇ ਤਿਆਰ ਕੀਤਾ ਜਾ ਰਿਹਾ ਹੈ। ਇਸ ਘਰ ਵਿਚ ਹੁਣ ਨਵੇਂ ਸੋਫੇ ਲੱਗਣੇ ਸ਼ੁਰੂ ਹੋ ਗਏ ਹਨ। ਇੱਥੇ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਵੀ ਤਿਆਰ ਕੀਤੇ ਜਾ ਰਹੇ ਹਨ। ਬਾਰਾਂਦਰੀ ਵਿਚ ਸਥਿਤ ਇਸ ਇਤਿਹਾਸਕ ਘਰ ਦੇ ਸਾਹਮਣੇ ਇਕ ਵੱਡਾ ਬਗੀਚਾ ਵੀ ਹੈ। ਇਸ ਇਤਿਹਾਸਕ ਘਰ ਵਿਚ ਪਿਛਲੇ 177 ਸਾਲਾਂ ਵਿਚ 140 ਦੇ ਕਰੀਬ ਕਮਿਸ਼ਨਰ ਰਹਿ ਚੁੱਕੇ ਹਨ।  ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਫਿਲਹਾਲ ਜਲੰਧਰ ਕੈਂਟ ਵਿਚ ਇਕ ਮਕਾਨ ਕਿਰਾਏ ’ਤੇ ਲਿਆ ਹੋਇਆ ਹੈ। 

ਡਿਪੋਰਟ ਕੀਤੇ ਗਏ ਭਾਰਤੀਆਂ ’ਚ 67 ਪੰਜਾਬੀ ਵੀ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ 

ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਗੈਰਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਜਾਰੀ ਹੈ। ਇਸ ਕਾਰਵਾਈ ਦੇ ਚੱਲਦਿਆਂ ਅਮਰੀਕਾ ਵਲੋਂ ਡਿਪੋਰਟ ਕੀਤੇ ਗਏ 119 ਹੋਰ ਭਾਰਤੀ ਭਲਕੇ ਅੰਮਿ੍ਰਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚ ਜਾਣਗੇ। ਇਨ੍ਹਾਂ ਡਿਪੋਰਟ ਭਾਰਤੀਆਂ ਨੂੰ ਅਮਰੀਕੀ ਫੌਜ ਦਾ ਜਹਾਜ਼ ਲੈ ਕੇ ਅੰਮਿ੍ਰਤਸਰ ਪਹੁੰਚੇਗਾ। ਇਨ੍ਹਾਂ 119 ਭਾਰਤੀਆਂ ਵਿਚ 67 ਨੌਜਵਾਨ ਪੰਜਾਬ ਨਾਲ ਸਬੰਧਤ ਹਨ ਅਤੇ 33 ਨੌਜਵਾਨ ਹਰਿਆਣਾ ਨਾਲ ਸਬੰਧਤ ਦੱਸੇ ਜਾ ਰਹੇ ਹਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ 104 ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਇਸਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਵਲੋਂ ਪੰਜਾਬੀਆਂ ਸਮੇਤ ਵੱਡੀ ਗਿਣਤੀ ਵਿਚ ਗੈਰ ਕਾਨੂੰਨੀ ਤੌਰ ’ਤੇ ਪੁੱਜੇ ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ’ਤੇ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਰਗੇ ਦੇਸ਼ ਨੂੰ ਅਜਿਹਾ ਤਾਨਾਸ਼ਾਹੀ ਦੇ ਰੂਪ ਵਿਚ ਨਹੀਂ ਕਰਨਾ ਚਾਹੀਦਾ ਬਲਕਿ ਇਨ੍ਹਾਂ ਲੋਕਾਂ ਨੂੰ ਇਕ ਮੌਕਾ ਦਿੱਤਾ ਜਾਣਾ ਚਾਹੀਦਾ ਸੀ। 

 

 

ਪੰਜਾਬ ਦਾ ਹਰ ਕਿਸਾਨ ਪਰਿਵਾਰ 2 ਲੱਖ ਰੁਪਏ ਤੋਂ ਵੱਧ ਦਾ ਕਰਜ਼ਈ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਹਰੇਕ ਕਿਸਾਨ ਪਰਿਵਾਰ ਦੇ ਸਿਰ ਉੱਤੇ 2 ਲੱਖ ਰੁਪਏ ਤੋਂ ਵੱਧ ਦਾ ਕਰਜ਼ਾ ਹੈ। ਖੇਤੀ ਤੇ ਕਿਸਾਨ ਭਲਾਈ ਰਾਜ ਮੰਤਰੀ ਰਾਮਨਾਥ ਠਾਕੁਰ ਨੇ ਇਹ ਜਾਣਕਾਰੀ ਲੋਕ ਸਭਾ ਵਿੱਚ ਸੰਸਦ ਮੈਂਬਰ ਰਚਨਾ ਬੈਨਰਜੀ ਵੱਲੋਂ ਪੁੱਛੇ ਇੱਕ ਸਵਾਲ ਦਾ ਲਿਖਤੀ ਜਵਾਬ ਦਿੰਦਿਆਂ ਦਿੱਤੀ। ਉਨ੍ਹਾਂ ਵੱਲੋਂ ਮੁਹੱਈਆ ਕਰਵਾਏ ਅੰਕੜਿਆਂ ਮੁਤਾਬਕ ਹਰਿਆਣਾ ਵਿੱਚ ਹਰੇਕ ਕਿਸਾਨ ਪਰਿਵਾਰ ਸਿਰ ਔਸਤਨ 1.83 ਲੱਖ ਰੁਪਏ ਦਾ ਕਰਜ਼ਾ ਹੈ, ਜਦਕਿ ਹਿਮਾਚਲ ਪ੍ਰਦੇਸ਼ ਵਿੱਚ ਇਹ ਕਰਜ਼ 85,825 ਰੁਪਏ ਅਤੇ ਜੰਮੂ ਕਸ਼ਮੀਰ ਵਿੱਚ 30,435 ਰੁਪਏ ਹੈ। ਕੌਮੀ ਪੱਧਰ ’ਤੇ ਕਿਸਾਨਾਂ ਸਿਰ ਕਰਜ਼ੇ ਦੀ ਪੰਡ ਦੀ ਔਸਤ 74,121 ਰੁਪਏ ਹੈ। ਸੰਸਦ ਵਿਚ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਡਿਜੀਟਲ ਖੇਤੀਬਾੜੀ ਮਿਸ਼ਨ ਤਹਿਤ 2 ਕਰੋੜ ਤੋਂ ਵੱਧ ਕਿਸਾਨ ਪਛਾਣ ਪੱਤਰ ਬਣਾਏ ਗਏ ਹਨ। ਜ਼ਿਕਰਯੋਗ ਹੈ ਕਿ ਫਸਲਾਂ ’ਤੇ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਲੋਂ ਸਰਕਾਰ ਕੋਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਅਤੇ ਧਰਨਾ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। 

ਸ੍ਰੀ ਰਾਮ ਜਨਮ ਭੂਮੀ ਮੰਦਰ ’ਚ ਚੰਨੀ ਨੇ ਟੇਕਿਆ ਮੱਥਾ ਅਤੇ ਅਸ਼ੀਰਵਾਦ ਲਿਆ

ਅਯੁੱਧਿਆ/ਬਿਊਰੋ ਨਿਊਜ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਯੁੱਧਿਆ ਵਿਖੇ ਪਹੁੰਚੇ ਹਨ। ਇਸੇ ਦੌਰਾਨ ਚੰਨੀ ਨੇ ਸ੍ਰੀ ਰਾਮ ਜਨਮ ਭੂਮੀ ਮੰਦਰ ਵਿਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਇਸਦੇ ਨਾਲ ਹੀ ਉਨ੍ਹਾਂ ਵਾਰਾਣਸੀ ਦੇ ਵਿਸ਼ਵ ਪ੍ਰਸਿੱਧ ਕਾਸ਼ੀ ਵਿਸ਼ਵਨਾਥ ਮੰਦਰ ਦੇ ਵੀ ਦਰਸ਼ਨ ਕੀਤੇ। ਉਨ੍ਹਾਂ ਕਿਹਾ ਕਿ ਦੋਵੇਂ ਮੰਦਰਾਂ ਦੇ ਦਰਸ਼ਨ ਕਰਨ ਤੋਂ ਬਾਅਦ ਉਹ ਧਨ ਮਹਿਸੂਸ ਕਰ ਰਹੇ ਹਨ ਅਤੇ ਇਹ ਯਾਤਰਾ ਉਨ੍ਹਾਂ ਨੂੰ ਨਵੀਂ ਊਰਜਾ ਦੇ ਰਹੀ ਹੈ। ਚੰਨੀ ਦੀ ਧਾਰਮਿਕ ਯਾਤਰਾ ਨੂੰ ਲੈ ਕੇ ਰਾਜਨੀਤਿਕ ਹਲਕਿਆਂ ਵਿਚ ਵੀ ਚਰਚਾਵਾਂ ਤੇਜ਼ ਹੋ ਗਈਆਂ ਹਨ।

ਕਿਸਾਨ ਜਥੇਬੰਦੀਆਂ ਵਿਚਕਾਰ ਏਕੇ ਦਾ ਫੈਸਲਾ ਟਲਿਆ

ਚੰਡੀਗੜ੍ਹ/ਬਿਊਰੋ ਨਿਊਜ਼

ਚੰਡੀਗੜ੍ਹ ’ਚ ਕਿਸਾਨ ਭਵਨ ਵਿਖੇ ਅੱਜ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਹੋਈ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫਦ ਵਿਚਕਾਰ ਲੰਬੀ ਵਿਚਾਰ ਚਰਚਾ ਹੋਈ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ ਹੈ ਪਰ ਇੱਕਜੁੱਟਤਾ ਦਾ ਫੈਸਲਾ ਨਹੀਂ ਹੋ ਸਕਿਆ ਹੈ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅੱਜ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਇਆ ਅਤੇ ਜਲਦ ਹੀ ਉਹਨਾਂ ਨਾਲ ਵੀ ਮੀਟਿੰਗ ਕੀਤੀ ਜਾਵੇਗੀ। ਜਿਸ ਤੋਂ ਬਾਅਦ ਅਗਲੀ ਰਣਨੀਤੀ ਤੇ ਅਗਲੇ ਸੰਘਰਸ਼ ਦਾ ਐਲਾਨ ਜਥੇਬੰਦੀਆਂ ਵੱਲੋਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਨੂੰ ਕਾਰਪੋਰੇਟਾਂ ਦੇ ਹੱਥਾਂ ਵਿੱਚ ਦੇ ਰਹੀ ਹੈ, ਜਿਸ ਕਰਕੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਬਾਰਡਰਾਂ ਉੱਤੇ ਅੰਦੋਲਨ ਕਰ ਰਹੇ ਹਨ। 

ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ਼ੋ੍ਰਮਣੀ ਅਕਾਲੀ ਦਲ ’ਤੇ ਚੁੱਕੇ ਸਵਾਲ

ਅੰਮਿ੍ਰਤਸਰ/ਬਿਊਰੋ ਨਿਊਜ਼ 

ਮੀਡੀਆ ਵਿਚ ਆ ਰਹੀਆਂ ਰਿਪੋਰਟਾਂ ਮੁਤਾਬਕ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੋ੍ਰਮਣੀ ਕਮੇਟੀ ਵਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ’ਤੇ ਇਤਰਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਘਟਨਾਕ੍ਰਮ ਕਾਰਨ ਉਨ੍ਹਾਂ ਦਾ ਮਨ ਬੇਹੱਦ ਦੁਖੀ ਹੋਇਆ ਹੈ। ਧਿਆਨ ਰਹੇ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਇਸ ਵੇਲੇ ਯੂਕੇ ਵਿੱਚ ਹਨ। ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਉਣ ਸਬੰਧੀ ਕੀਤੇ ਗਏ ਫੈਸਲੇ ਦਾ ਸਿੱਖ ਸੰਸਥਾਵਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ਼ੋ੍ਰਮਣੀ ਅਕਾਲੀ ਦਲ ’ਤੇ ਕਈ ਸਵਾਲ ਖੜ੍ਹੇ ਕੀਤੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਦੀ 35 ਲੱਖ ਮੈਂਬਰਸ਼ਿਪ ਹੋਣ ਸਬੰਧੀ ਕਿਹਾ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਨੂੰ ਸਿਰਫ 18 ਲੱਖ ਵੋਟ ਪਈ ਸੀ ਅਤੇ ਹੁਣ ਕੁਝ ਦਿਨਾਂ ਵਿਚ 35 ਲੱਖ ਮੈਂਬਰਸ਼ਿਪ ਕਿਸ ਤਰ੍ਹਾਂ ਹੋ ਗਈ ਹੈ। 

ਪੰਜਾਬ ਨੂੰ ਮਾਡਲ ਸੂਬਾ ਬਣਾ ਕੇ ਦੇਸ਼ ਸਾਹਮਣੇ ਰੱਖਾਂਗੇ : ਭਗਵੰਤ ਮਾਨ

ਨਵੀਂ ਦਿੱਲੀ/ਬਿਊਰੋ ਨਿਊਜ਼ 

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਾਰੇ ਵਿਧਾਇਕਾਂ, ਮੰਤਰੀਆਂ ਅਤੇ ਚੇਅਰਮੈਨਾਂ ਨਾਲ ਨਵੀਂ ਦਿੱਲੀ ਦੇ ਕਪੂਰਥਲਾ ਹਾਊਸ ਵਿਚ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹੇ। ਧਿਆਨ ਰਹੇ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਕੇਜਰੀਵਾਲ ਨੇ ਇਹ ਮੀਟਿੰਗ ਸੱਦੀ ਸੀ। ਕੇਜਰੀਵਾਲ ਨੇ ਦਿੱਲੀ ਚੋਣਾਂ ਵਿਚ ਕੰਮ ਕਰਨ ਵਾਲੇ ਆਮ ਆਦਮੀ ਪਾਰਟੀ ਨਾਲ ਜੁੜੇ ਹਰ ਵਿਅਕਤੀ ਦਾ ਧੰਨਵਾਦ ਵੀ ਕੀਤਾ। ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨੂੰ ਸੰਬੋਧਨ ਕੀਤਾ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਦਿੱਲੀ ਵਿਚ ਬਹੁਤ ਉਸਾਰੂ ਕੰਮ ਹੋਏ ਹਨ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਵਿਚ ਬਹੁਤ ਮਿਹਨਤ ਕੀਤੀ ਅਤੇ ਹੁਣ ਹੋਰ ਵੀ ਜ਼ਿਆਦਾ ਮਿਹਨਤ ਕਰਾਂਗੇ। ਉਨ੍ਹਾਂ ਕਿਹਾ ਕਿ ਹਾਰ -ਜਿੱਤ ਤਾਂ ਬਣੀ ਰਹਿੰਦੀ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹਿੱਤਾਂ ਲਈ ਬਹੁਤ ਕੰਮ ਕਰ ਰਹੀ ਹੈ ਅਤੇ ਪੰਜਾਬ ਨੂੰ ਮਾਡਲ ਸੂਬਾ ਬਣਾ ਕੇ ਦੇਸ਼ ਦੇ ਸਾਹਮਣੇ ਰੱਖਾਂਗੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਜੋ ਫਤਵਾ ਦਿੱਤਾ ਹੈ, ਉਹ ਸਾਡੇ ਸਿਰ ਮੱਥੇ ਹੈ।    

 

ਸੂਬਾ ਸਰਕਾਰ ਨੇ ਭਿ੍ਰਸ਼ਟਾਚਾਰ ਰੋਕਣ ਦੀ ਜ਼ਿੰਮੇਵਾਰੀ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਦਿੱਤੀ  

ਚੰਡੀਗੜ੍ਹ/ਬਿਊਰੋ ਨਿਊਜ਼  

ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਹਰਕਤ ਵਿਚ ਆ ਗਈ ਹੈ। ਸੂਬਾ ਸਰਕਾਰ ਨੇ ਭਿ੍ਰਸ਼ਟਾਚਾਰ ਦੇ ਖਿਲਾਫ ਐਕਸ਼ਨ ਪਲਾਨ ਤਿਆਰ ਕਰ ਲਿਆ ਹੈ। ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲਿਸ ਮੁਖੀਆਂ, ਐਸ.ਡੀ.ਐਮਜ਼. ਅਤੇ ਐਸ.ਐਚ. ਓਜ਼ ਨੂੰ ਆਪੋ-ਆਪਣੇ ਇਲਾਕਿਆਂ ਵਿਚ ਭਿ੍ਰਸ਼ਟਾਚਾਰ ਰੋਕਣ ਦੇ ਨਿਰਦੇਸ਼ ਦਿੱਤੇ ਹਨ। ਜੇਕਰ ਉਹ ਇਸ ਮਿਸ਼ਨ ਵਿਚ ਸਫਲ ਨਹੀਂ ਹੁੰਦੇ ਤਾਂ ਉਨ੍ਹਾਂ ਖਿਲਾਫ ਵੀ ਕਾਰਵਾਈ ਹੋ ਸਕਦੀ ਹੈ। ਇਸ ਸਬੰਧੀ ਕਾਰਵਾਈ ਆਮ ਜਨਤਾ ਅਤੇ ਵਿਧਾਇਕਾਂ ਤੋਂ ਮਿਲਣ ਵਾਲੀ ਫੀਡਬੈਕ ਦੇ ਅਧਾਰ ’ਤੇ ਹੋਵੇਗੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਜਨਵਰੀ ਮਹੀਨੇ ਦੌਰਾਨ ਰਜਿਸਟਰਾਰ ਅਤੇ ਸਬ ਰਜਿਸਟਰਾਰ ਦਫਤਰਾਂ ਵਿਚ ਲੱਗੇ ਕੈਮਰਿਆਂ  ਨੂੰ ਚਾਲੂ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਭਿ੍ਰਸ਼ਟਾਚਾਰ ਕਰਨ ਵਾਲਿਆਂ ’ਤੇ ਨਜ਼ਰ ਰੱਖੀ ਜਾ ਸਕੇ। 

ਪੰਜਾਬ ਪੁਲਿਸ ਵੱਲੋਂ 8 ਟਰੈਵਲ ਏਜੰਟਾਂ ਖਿਲਾਫ ਕੇਸ

ਚੰਡੀਗੜ੍ਹ/ਬਿਊਰੋ ਨਿਊਜ਼   

ਪੰਜਾਬ ਪੁਲਿਸ ਨੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਧੜੀ ਕਰਨ ਵਾਲੇ ਗੈਰਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਗੈਰਕਾਨੂੰਨੀ ਟਰੈਵਲ ਏਜੰਟਾਂ ਅਤੇ ਮਨੁੱਖੀ ਤਸਕਰੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ 8 ਟਰੈਵਲ ਏਜੰਟਾਂ ਵਿਰੁੱਧ ਕੇਸ ਦਰਜ ਕੀਤੇ ਹਨ। ਇਹ ਕੇਸ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਕੀਤੇ ਗਏ ਹਨ। ਇਸ ਸਬੰਧੀ ਦੋ ਕੇਸ ਜ਼ਿਲ੍ਹਾ ਪੁਲਿਸ ਜਦੋਂਕਿ 6 ਕੇਸ ਐੱਨਆਰਆਈ ਵਿੰਗ ਨੇ ਦਰਜ ਕੀਤੇ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ਵੱਲੋਂ 104 ਭਾਰਤੀ ਨੌਜਵਾਨਾਂ ਨੂੰ ਪਿਛਲੇ ਦਿਨੀਂ ਡਿਪੋਰਟ ਕਰਕੇ ਭਾਰਤ ਭੇਜਿਆ ਗਿਆ ਸੀ ਅਤੇ ਇਨ੍ਹਾਂ ਡਿਪੋਰਟ ਹੋਏ ਨੌਜਵਾਨਾਂ ਵਿਚ ਕਈ ਨੌਜਵਾਨ ਪੰਜਾਬ ਦੇ ਵੀ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਗੈਰਕਾਨੂੰਨੀ ਪਰਵਾਸ ਤੇ ਮਨੁੱਖੀ ਤਸਕਰੀ ਦੀ ਜਾਂਚ ਲਈ ਚਾਰ ਮੈਂਬਰੀ ਸਿਟ ਕਾਇਮ ਕੀਤੀ ਸੀ। ਇਸੇ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕ ਵਿਰੁੱਧ ਕਾਰਵਾਈ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰ ਤੇ ਐੱਸਐੱਸਪੀ ਮਾਮਲੇ ਦੀ ਜਾਂਚ ਵਿੱਚ ਜੁਟੇ ਹੋਏ ਹਨ।

ਖੇਤੀ ਮਾਹਿਰਾਂ ਨੇ ਹਾੜ੍ਹੀ ਦੀਆਂ ਫਸਲਾਂ ਨੂੰ ਪਾਣੀ ਦੇਣ ਦੀ ਦਿੱਤੀ ਸਲਾਹ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਮਾਲਵਾ ਅਤੇ ਹੋਰ ਕਈ ਖੇਤਰਾਂ ਵਿਚ ਇਕਦਮ ਵਧੀ ਗਰਮੀ ਨੇ ਕਿਸਾਨਾਂ ਦਾ ਫਿਕਰ ਵਧਾ ਦਿੱਤਾ ਹੈ। ਖੇਤੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਇਸ ਗਰਮੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਿਸਾਨਾਂ ਨੂੰ ਤੁਰੰਤ ਕਣਕ ਸਮੇਤ ਹੋਰ ਹਾੜ੍ਹੀ ਦੀਆਂ ਫਸਲਾਂ ਨੂੰ ਪਾਣੀ ਦੇਣ ਦੀ ਸਲਾਹ ਦਿੱਤੀ ਹੈ। ਖੇਤੀ ਵਿਗਿਆਨੀਆਂ ਦਾ ਕਹਿਣਾ ਹੈ ਕਿ ਪਹਿਲਾਂ ਮੌਸਮ ਵਿਚ ਖੁਸ਼ਕੀ ਅਤੇ ਹੁਣ ਇਕਦਮ ਪੈਣ ਲੱਗੀ ਗਰਮੀ ਦਾ ਕਿਸਾਨਾਂ ਨੂੰ ਟਾਕਰਾ ਕਰਨ ਦੀ ਜ਼ਰੂਰਤ ਹੈ ਅਤੇ ਫਸਲਾਂ ਨੂੰ ਪਾਣੀ ਦੇਣ ਤੋਂ ਬਿਲਕੁਲ ਢਿੱਲ ਨਹੀਂ ਵਰਤਣੀ ਚਾਹੀਦੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਦੱਸਿਆ ਕਿ ਆਉਣ ਵਾਲੇ ਪੂਰੇ ਹਫਤੇ ਪਾਰਾ 24 ਤੋਂ 25 ਡਿਗਰੀ ਸੈਂਟੀਗਰੇਡ ਰਹਿਣ ਦੀ ਉਮੀਦ ਹੈ ਅਤੇ ਦਿਨ ਵੇਲੇ ਤੇਜ਼ ਧੁੱਪ ਖਿੜੇਗੀ। ਖੇਤੀ ਵਿਗਿਆਨੀ ਡਾ. ਜੀ.ਐਸ ਰੋਮਾਣਾ ਦਾ ਕਹਿਣਾ ਸੀ ਕਿ ਜਿਸ ਹਿਸਾਬ ਨਾਲ ਗਰਮੀ ਵਧ ਰਹੀ ਹੈ, ਉਸ ਹਿਸਾਬ ਨਾਲ ਫਸਲਾਂ ਨੂੰ ਪਾਣੀ ਜ਼ਿਆਦਾ ਦੇਣਾ ਪਵੇਗਾ।

ਗਿਆਨੀ ਜਗਤਾਰ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ

ਅੰਮਿ੍ਰਤਸਰ/ਬਿਊਰੋ ਨਿਊਜ਼   

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਹੋਈ ਬੈਠਕ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਗਈਆਂ ਹਨ। ਇਸਦੇ ਚੱਲਦਿਆਂ ਗਿਆਨੀ ਜਗਤਾਰ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਜ਼ਿੰਮੇਵਾਰੀ ਸੰਭਾਲੀ ਗਈ ਹੈ। ਇਹ ਮੀਟਿੰਗ ਅੰਮਿ੍ਰਤਸਰ ਸਥਿਤ ਸ਼ੋ੍ਰਮਣੀ ਕਮੇਟੀ ਦੇ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਈ ਅਤੇ ਇਸ ਮੀਟਿੰਗ ਦੀ ਪ੍ਰਧਾਨਗੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਹੈ। ਇਸਦੇ ਚੱਲਦਿਆਂ ਕੁਝ ਐਸਜੀਪੀਸੀ ਮੈਂਬਰਾਂ ਨੇ ਇਸ ਫੈਸਲੇ ਦਾ ਵਿਰੋਧ ਵੀ ਕੀਤਾ। ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਲੱਗੇ ਆਰੋਪਾਂ ਨੂੰ ਲੈ ਕੇ ਇਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਸੀ ਅਤੇ ਕਮੇਟੀ ਦੀ ਜਾਂਚ ਨੂੰ ਅਧਾਰ ਬਣਾ ਕੇ ਹੀ ਇਹ ਕਾਰਵਾਈ ਕੀਤੀ ਗਈ ਹੈ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.