Friday, 17 April 2026

ਸਰਕਾਰ ਚਾਹੇ ਤਾਂ ਇਕ ਦਿਨ ਵਿਚ ਹੀ ਨਸ਼ਾ ਖਤਮ ਕੀਤਾ ਜਾ ਸਕਦਾ : ਫੌਜਾ ਸਿੰਘ

ਜਲੰਧਰ/ਬਿਊਰੋ ਨਿਊਜ਼ 

ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਰੰਗਲਾ ਪੰਜਾਬ ਮੁਹਿੰਮ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਜਲੰਧਰ ਪਹੁੰਚੇ। ਇਸ ਮੁਹਿੰਮ ਦੇ ਤਹਿਤ ਜਲੰਧਰ ਦੇ ਬਿਆਸ ਪਿੰਡ ਵਿਚ ਪੈਦਲ ਮਾਰਚ ਵੀ ਕੱਢਿਆ ਗਿਆ। ਇਹ ਮਾਰਚ ਬਿਆਸ ਪਿੰਡ ਤੋਂ ਕਰਤਾਰਪੁਰ ਤੱਕ ਚੱਲੇਗਾ। ਮਾਰਚ ਵਿਚ ਸ਼ਾਮਲ ਸਾਰੇ ਵਿਅਕਤੀ ਪੈਦਲ ਹੀ ਕਰਤਾਰਪੁਰ ਜਾਣਗੇ। ਨਸ਼ਾ ਮੁਕਤ ਰੰਗਲਾ ਪੰਜਾਬ ਮੁਹਿੰਮ ਵਿਚ ਕਈ ਬਜ਼ੁਰਗ ਵਿਅਕਤੀਆਂ ਨੇ ਵੀ ਹਿੱਸਾ ਲਿਆ ਹੈ। ਅੱਜ 10 ਦਸੰਬਰ ਨੂੰ ਇਹ ਯਾਤਰਾ ਮਹਾਨ ਅਥਲੀਟ ਫੌਜਾ ਸਿੰਘ ਦੇ ਬਿਆਸ ਪਿੰਡ ਵਿਚਲੇ ਘਰ ਤੋਂ ਸ਼ੁਰੂ ਕੀਤੀ ਗਈ। ਇਹ ਯਾਤਰਾ ਭਲਕੇ 11 ਦਸੰਬਰ ਨੂੰ ਕਰਤਾਰਪੁਰ ਵਿਚ ਜੰਗ ਏ ਆਜ਼ਾਦੀ ਸਮਾਰਕ ’ਤੇ ਪਹੁੰਚ ਕੇ ਸੰਪੰਨ ਹੋਵੇਗੀ। ਇਸ ਮੌਕੇ ਫੌਜਾ ਸਿੰਘ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਇਕ ਦਿਨ ਵਿਚ ਹੀ ਨਸ਼ਾ ਖਤਮ ਕੀਤਾ ਜਾ ਸਕਦਾ ਹੈ। 

6 ਦਸੰਬਰ ਨੂੰ ਸ਼ੰਭੂ ਤੋਂ ਦਿੱਲੀ ਵੱਲ ਕੂਚ ਕਰਨਗੀਆਂ ਕਿਸਾਨ ਜਥੇਬੰਦੀਆਂ

ਚੰਡੀਗੜ੍ਹ/ਬਿਊਰੋ ਨਿਊਜ਼

ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ ਪਿਛਲੇ ਸਾਢੇ 9 ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਭਲਕੇ ਮੰਗਲਵਾਰ, 26 ਨਵੰਬਰ ਤੋਂ ਖਨੌਰੀ ਬਾਰਡਰ ’ਤੇ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਦੂਜੇ ਪਾਸੇ ਦੋਵਾਂ ਜਥੇਬੰਦੀਆਂ ਵੱਲੋਂ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਕੀਤਾ ਜਾਵੇਗਾ। ਦੋਵਾਂ ਜਥੇਬੰਦਆਂ ਨੇ ਦਿੱਲੀ ਕੂਚ ਕਰਨ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ। ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਦੀਆਂ ਹੋਰਨਾਂ ਕਿਸਾਨ, ਮਜ਼ਦੂਰ ਤੇ ਲੋਕ ਹਿੱਤ ਵਿੱਚ ਕੰਮ ਕਰਨ ਵਾਲੀਆਂ ਜਥੇਬੰਦੀਆਂ ਨੂੰ ਵੀ ਨਾਲ ਜੋੜਿਆ ਜਾ ਰਿਹਾ ਹੈ। ਇਨ੍ਹਾਂ ਜਥੇਬੰਦੀਆਂ ਨੇ ਪੰਜਾਬ ਭਰ ਵਿੱਚ ਵੱਡੇ ਇਕੱਠ ਕਰਕੇ ਸੰਘਰਸ਼ ਨੂੰ ਤੇਜ਼ ਕਰਨ ਦੀਆਂ ਲਾਮਬੰਦੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ 26 ਨਵੰਬਰ ਨੂੰ ਗੁਰਦਾਸਪੁਰ ਤੇ 28 ਨੂੰ ਅੰਮਿ੍ਰਤਸਰ ’ਚ ਵੀ ਵੱਡੇ ਇਕੱਠ ਕੀਤੇ ਜਾ ਰਹੇ ਹਨ।

ਸ਼ੰਭੂ ਬਾਰਡਰ ’ਤੇ ਕਿਸਾਨਾਂ ਦਾ ਚੱਲ ਰਿਹਾ ਹੈ ਰੋਸ ਧਰਨਾ

ਨਵੀਂ ਦਿੱਲੀ/ਬਿਊਰੋ ਨਿਊਜ਼

ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੇ ਚੱਲਦਿਆਂ ਬੰਦ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਲਈ ਗਈ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਹੀ ਅਦਾਲਤ ਵਿਚ ਚੱਲ ਰਹੇ ਹਨ, ਫਿਰ ਵਾਰ-ਵਾਰ ਇਸ ਤਰ੍ਹਾਂ ਦੀ ਪਟੀਸ਼ਨ ਦਾਖਲ ਕਿਉਂ ਕੀਤੀ ਜਾ ਰਹੀ ਹੈ। ਅਦਾਲਤ ਨੇ ਕਿਹਾ ਕਿ ਅਜਿਹੀ ਪਟੀਸ਼ਨ ਦਾਖਲ ਕਰਨ ਨਾਲ ਇਹ ਧਾਰਨਾ ਬਣ ਰਹੀ ਹੈ ਕਿ ਇੱਥੇ ਕੋਈ ਵੀ ਵਿਅਕਤੀ ਕੇਵਲ ਲੋਕਾਂ ਨੂੰ ਦਿਖਾਉਣ ਦੇ ਲਈ ਮੁਕੱਦਮਾ ਕਰਨ ਲਈ ਆਇਆ ਹੈ। ਅਦਾਲਤ ਨੇ ਪਟੀਸ਼ਨ ਕਰਤਾ ਨੂੰ ਕਿਹਾ ਕਿ ਜੇਕਰ ਤੁਸੀਂ ਪਹਿਲਾਂ ਤੋਂ ਚੱਲ ਰਹੀ ਪਟੀਸ਼ਨ ਵਿਚ ਸਹਿਯੋਗ ਕਰਨਾ ਚਾਹੁੰਦੇ ਹੋ ਤਾਂ ਤੁਹਾਡਾ ਸਵਾਗਤ ਹੈ। ਇਹ ਪਟੀਸ਼ਨ ਜਲੰਧਰ ਦੇ ਇਕ ਵਿਅਕਤੀ ਵਲੋਂ ਲਗਾਈ ਗਈ ਸੀ। ਉਸ ਨੇ ਮੰਗ ਕੀਤੀ ਸੀ ਕਿ ਕੇਂਦਰ ਸਰਕਾਰ ਦੇ ਨਾਲ ਹਰਿਆਣਾ ਅਤੇ ਪੰਜਾਬ ਦੀ ਸਰਕਾਰ ਨੂੰ ਨਿਰਦੇਸ਼ ਦਿੱਤਾ ਜਾਵੇ ਕਿ ਸ਼ੰਭੂ ਬਾਰਡਰ ਸਮੇਤ ਉਨ੍ਹਾਂ ਸਾਰੇ ਸਟੇਟ-ਨੈਸ਼ਨਲ ਹਾਈਵੇ ਨੂੰ ਟਰੈਫਿਕ ਲਈ ਖੋਲ੍ਹਿਆ ਜਾਵੇ, ਜੋ ਕਿਸਾਨਾਂ ਦੇ ਪ੍ਰਦਰਸ਼ਨ ਦੇ ਚੱਲਦਿਆਂ ਬੰਦ ਕੀਤੇ ਗਏ ਹਨ।

ਕਾਂਗਰਸ ਵਾਲੀਆਂ ਸੀਟਾਂ ‘ਆਪ’ ਕੋਲ ਤੇ ‘ਆਪ’ ਵਾਲੀ ਸੀਟ ਕਾਂਗਰਸ ਕੋਲ ਗਈ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਚੱਬੇਵਾਲ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਬਰਨਾਲਾ ਵਿਚ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ’ਚ ਵੱਡਾ ਉਲਟ ਫੇਰ ਹੋਇਆ ਹੈ ਅਤੇ ਆਮ ਆਦਮੀ ਪਾਰਟੀ ਦੀ ਝੰਡੀ ਰਹੀ ਹੈ। ਇਸਦੇ ਚੱਲਦਿਆਂ ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ਸੀਟ ਕਾਂਗਰਸ ਕੋਲ ਸੀ ਅਤੇ ਹੁਣ ਇਹ ਆਮ ਆਦਮੀ ਪਾਰਟੀ ਕੋਲ ਚਲੀਆਂ ਗਈਆਂ ਹੈ। ਬਰਨਾਲਾ ਸੀਟ ਜਿਹੜੀ ਆਮ ਆਦਮੀ ਪਾਰਟੀ ਦਾ ਗੜ ਮੰਨੀ ਜਾਂਦੀ ਸੀ, ਉਹ ਕਾਂਗਰਸ ਪਾਰਟੀ ਕੋਲ ਚਲੀ ਗਈ ਹੈ। ਹਲਕਾ ਚੱਬੇਵਾਲ ਤੋਂ ਵੀ ਆਮ ਆਦਮੀ ਪਾਰਟੀ ਦਾ ਉਮੀਦਵਾਰ ਹੀ ਜੇਤੂ ਰਿਹਾ ਹੈ। ਇਸੇ ਤਰ੍ਹਾਂ ਕਾਂਗਰਸ ਕੋਲ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਦਾ ਅਹੁਦਾ ਬੜੀ ਮੁਸ਼ਕਲ ਨਾਲ ਹੀ ਬਚਿਆ ਰਿਹਾ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਕਾਂਗਰਸ ਕੋਲ ਇਸ ਮੌਕੇ ਵਿਧਾਨ ਸਭਾ ਦੀਆਂ ਸਿਰਫ 14 ਸੀਟਾਂ ਰਹਿ ਗਈਆਂ ਹਨ ਅਤੇ ਵਿਰੋਧੀ ਧਿਰ ਦੇ ਆਗੂ ਲਈ 13 ਸੀਟਾਂ ਦੀ ਲੋੜ ਹੁੰਦੀ ਹੈ। ਚੱਬੇਵਾਲ ਤੋਂ ‘ਆਪ’ ਦੇ ਉਮੀਦਵਾਰ ਡਾ. ਇਸ਼ਾਂਕ ਕੁਮਾਰ, ਡੇਰਾ ਬਾਬਾ ਨਾਨਕ ਤੋਂ ਵੀ ‘ਆਪ’ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਜਿੱਤੇ ਹਨ। ਇਸੇ ਤਰ੍ਹਾਂ ਗਿੱਦੜਬਾਹਾ ਤੋਂ ਵੀ ‘ਆਪ’ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਜਿੱਤੇ ਹਨ ਅਤੇ ਬਰਨਾਲਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਜਿੱਤ ਹੋਈ ਹੈ।

ਮਨੀਸ਼ ਤਿਵਾੜੀ ਬੋਲੇ : ਯੂਨੀਵਰਸਿਟੀ ਦੀ ਖੁਦਮੁਖਤਿਆਰੀ ਨੂੰ ਲੈ ਕੇ ਵਧੀ ਚਿੰਤਾ 

ਨਵੀਂ ਦਿੱਲੀ/ਬਿਊਰੋ ਨਿਊਜ਼ 

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਕਰਵਾਉਣ ਵਿੱਚ ਦੇਰੀ ਦਾ ਮੁੱਦਾ ਸੰਸਦ ਵਿਚ ਵੀ ਪਹੁੰਚ ਗਿਆ ਹੈ। ਚੰਡੀਗੜ੍ਹ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿੱਚ ਸਿਫਰ ਕਾਲ ਦੌਰਾਨ ਇਹ ਮੁੱਦਾ ਉਠਾਉਣ ਦੀ ਇਜਾਜ਼ਤ ਦੇਣ ਲਈ ਸਪੀਕਰ ਨੂੰ ਨੋਟਿਸ ਦਿੱਤਾ। ਤਿਵਾੜੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਐਕਟ, 1947 ਦੇ ਤਹਿਤ ਯੂਨੀਵਰਸਿਟੀ ਵਿੱਚ ਸੈਨੇਟ ਦੀਆਂ ਚੋਣਾਂ ਲਾਜ਼ਮੀ ਹਨ, ਪਰ ਪਿਛਲੀ ਸੈਨੇਟ ਦਾ ਕਾਰਜਕਾਲ 31 ਅਕਤੂਬਰ, 2024 ਨੂੰ ਖਤਮ ਹੋਣ ਦੇ ਬਾਵਜੂਦ ਵੀ ਇਹ ਪੈਂਡਿੰਗ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਯੂਨੀਵਰਸਿਟੀ ਦਾ ਕੰਮਕਾਜ ਪ੍ਰਭਾਵਿਤ ਹੋ ਗਿਆ ਹੈ ਅਤੇ ਸੰਸਥਾ ਦੀ ਖੁਦਮੁਖਤਿਆਰੀ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਹਨ। ਤਿਵਾੜੀ ਨੇ ਕਿਹਾ ਕਿ ਚਾਂਸਲਰ ਨੂੰ ਕਈ ਬੇਨਤੀਆਂ ਕਰਨ ਦੇ ਬਾਵਜੂਦ ਚੋਣ ਪ੍ਰੋਗਰਾਮ ਨੂੰ ਸਵੀਕਾਰ ਨਹੀਂ ਕੀਤਾ ਗਿਆ ਹੈ।  

 

ਨਵਾਂ ਗਾਓਂ ਦੇ ਵਸਨੀਕਾਂ ਨੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵੱਲ ਮਾਰਚ, ਈ.ਐਸ.ਜੇਡ ਵਿੱਚ ਬਦਲਾਅ ਦੀ ਕੀਤੀ ਮੰਗ

ਚੰਡੀਗੜ : ਸੁਖਨਾ ਵਾਈਲਡ ਲਾਈਫ ਸੈਂਚੂਰੀ ਦੇ ਇਕੋ ਸੇਂਸੀਟਿਵ ਜੋਨ (ਈਐਸਜੇਡ) ਨੂੰ 100 ਮੀਟਰ ਤੋਂ ਵੱਧਾ ਕੇ 3 ਕਿਲੋਮੀਟਰ ਕਰਨ ਦੇ ਵਣ ਅਤੇ ਜੀਵਨ ਸੁਰੱਖਿਆ ਵਿਭਾਗ ਪੰਜਾਬ ਦੇ ਪ੍ਰਸਤਾਵ ਨੂੰ ਪੰਜਾਬ ਦੀ ਕੈਬਿਨੇਟ ਖਾਰਜ ਕਰੇ , ਇਹ ਮੰਗ ਪੰਜਾਬ ਦੇ ਮੁੱਖ ਮੰਤਰੀ ਤੋਂ ਕਰਦੇ ਹੋਏ ਸੀਨੀਅਰ ਭਾਜਪਾ ਨੇਤਾ ਅਤੇ ਨਵਾਂ ਗਾਓਂ ਘਰ ਬਚਾਓ ਮੰਚ ਦੇ ਚੇਅਰਮੈਨ ਵਿਨੀਤ ਜੋਸ਼ੀ ਦੀ ਅਗਵਾਈ ਵਿੱਚ ਨਵਾਂ ਗਾਓਂ ਦੇ ਵਸਨੀਕਾਂ ਨੇ ਨਵਾਂ ਗਾਓਂ ਤੋਂ ਸੀਐਮ ਪੰਜਾਬ ਹਾਊਸ ਦੀ ਤਰਫ ਮਾਰਚ ਕੀਤਾ । ਗੌਰਤਲਬ ਹੈ ਕਿ ਨਵਾਂ ਗਾਓਂ ਘਰ ਬਚਾਓ ਮੰਚ ਨਵਾਂ ਗਾਓਂ ਦੇ ਸਿਆਸੀ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦਾ ਸਾਂਝਾ ਮੰਚ ਹੈ। ਜੋਸ਼ੀ ਦੇ ਨਾਲ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਜ਼ਿਲ੍ਹਾ ਪ੍ਰਧਾਨ ਮੋਹਾਲੀ ਸੰਜੀਵ ਵਸ਼ਿਸ਼ਟ, ਨਵਾਂ ਗਾਓਂ ਮਿਊਨਿਸਪਲ ਕਾਉਂਸਲ ਦੇ ਪ੍ਰਧਾਨ ਗੁਰਧਿਆਨ ਸਿੰਘ, ਭਾਜਪਾ ਕੌਂਸਲਰ ਸੁਰਿੰਦਰ ਬੱਬਲ, ਪ੍ਰਮੋਦ ਕੁਮਾਰ ਅਤੇ ਹਰਨੇਸ਼ ਨੱਟੂ, ਅਕਾਲੀ ਦਲ ਤੋਂ ਕੌਂਸਲਰ ਗੁਰਬਚਨ ਸਿੰਘ ਅਤੇ ਕਾਂਗਰਸ ਤੋਂ ਕੌਂਸਲਰ ਸੁਸ਼ੀਲ ਸ਼ਰਮਾ ਵੀ ਸਨ। ਮਾਰਚ ਕਰਦੇ ਨੇਤਾਵਾਂ ਨੂੰ ਭਾਰੀ ਗਿਣਤੀ ਵਿੱਚ ਹਾਜਰ ਪੁਲਿਸ ਨੂੰ ਰੋਕਿਆ ਅਤੇ ਝੜਪ ਤੋਂ ਬਾਅਦ ਉਨ੍ਹਾਂ ਨੂ ਜਿੱਥੇ ਰੋਕੀਆ ਉਹ ਉੱਥੇ ਹੀ ਸੜਕ 'ਤੇ ਧਰਨੇ ਤੇ ਬੈਠ ਗਏ। ਖਰੜ ਕੇ ਐਸ.ਡੀ.ਐਮ. ਗੁਰਮਿੰਦਰ ਸਿੰਘ ਨੇ ਮੋਕੇ ਤੇ ਪਹੁੰਚ ਕੇ ਮੁੱਖ ਮੰਤਰੀ ਦੇ ਨਾ ਦਾ ਮੈਮੋਰੰਡਮ ਲੇਆ ।

ਇਸ ਮੋਕੇ ਸਭਾ ਨੂੰ ਸੰਬੋਧਿਤ ਕਰਦੇ ਹੋਏ ਜੋਸ਼ੀ ਨੇ ਕਿਹਾ ਕਿ ਸੁਖਨਾ ਈਐਸਜੇਡ ਨੂੰ 100 ਮੀਟਰ ਤੋਂ 3 ਕਿਲੋਮੀਟਰ ਤੱਕ ਵਧਾ ਕੇ ਪੰਜਾਬ ਸਰਕਾਰ ਆਪਣੀ 10 ਸਾਲ ਪੁਰਾਣੀ ਸਟੇਂਡ ਦੇ ਉਲਟ ਜਾ ਰਹੀ ਹੈ। ਮੰਤਰੀ ਮੰਡਲ ਦੇ ਆਉਣ ਵਾਲੇ ਫੈਸਲੇ ਕਾਰਨ ਹਜ਼ਾਰਾਂ ਹੇਠਲੇ ਮੱਧ ਵਰਗ ਅਤੇ ਗਰੀਬ ਲੋਕ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਭਰ ਦੀ ਕਮਾਈ ਨਾਲ ਛੋਟੇ- ਛੋਟੇ ਘਰ ਬਣਾਏ ਹਨ, ਆਪਣੀਆਂ ਜਾਇਦਾਦਾਂ ਤੋਂ ਵਾਂਝੇ ਹੋ ਜਾਣਗੇ। ਵਿਡੰਬਨਾ ਇਹ ਹੈ ਕਿ ਕਾਂਸਲ, ਨਯਾਗਾਓਂ, ਨਾਡਾ ਅਤੇ ਕਰੌਰਾਂ ਪਿੰਡ ਸੁਖਨਾ ਵਾਈਲਡ ਲਾਈਫ ਸੈਂਚੂਰੀ ਦੇ ਹੋਂਦ ਵਿੱਚ ਆਉਣ ਤੋਂ ਪਹਿਲਾਂ ਵੀ ਮੌਜੂਦ ਸਨ, ਫਿਰ ਵੀ ਉਨ੍ਹਾਂ ਨੂੰ ਆਪਣੀ ਕੋਈ ਕਸੂਰ ਨਾ ਹੋਣ ਦੀ ਸਜ਼ਾ ਭੁਗਤਣੀ ਪਵੇਗੀ। ਧਰਨੇ ਵਿੱਚ ਭਾਗ ਲੈਣ ਵਾਲੇ ਪ੍ਰਮੁੱਖ ਲੋਕ ਕਾਂਸਲ ਦੇ ਸਾਬਕਾ ਸਰਪੰਚ ਅਰਜਨ ਸਿੰਘ ਕਾਂਸਲ, ਸਾਬਕਾ ਕੌਂਸਲਰ ਦੀਪ ਢਿੱਲੋਂ, ਇਕਬਾਲ ਸਿੰਘ ਸੈਨੀ ਅਤੇ ਸੋਹਨ ਲਾਲ। ਨਵਾਂ ਗਾਓਂ ਦੇ ਧਾਰਮਿਕ ਨੇਤਾ ਸਦਾ ਸ਼ਿਵ ਮੰਦਰ ਕਮੇਟੀ ਦੇ ਪ੍ਰਧਾਨ ਰਾਜ ਕੁਮਾਰ ਫੌਜੀ, ਗੁਰਦੁਆਰਾ ਬੜ ਸਾਹਿਬ ਦੇ ਮੁੱਖ ਸੇਵਾਦਾਰ ਸਤਨਾਮ ਸਿੰਘ ਅਤੇ ਵਿਸ਼ਵ ਸਨਾਤਨ ਸਮਾਜ ਦੇ ਰਾਸ਼ਟਰੀ ਪ੍ਰਵਕਤਾ ਕੇਸ਼ਵਾਨੰਦ। ਜ਼ਿਲ੍ਹਾ ਸਕੱਤਰ ਭਾਜਪਾ ਮੋਹਾਲੀ ਭੂਪਿੰਦਰ ਭੂਪਪੀ। ਭਾਜਪਾ ਮੰਡਲ ਦੇ ਪ੍ਰਧਾਨ ਜੋਗਿੰਦਰ ਪਾਲ ਗੁਜਰ ਅਤੇ ਮੰਡਲ ਜਨਰਲ ਸਕੱਤਰ ਨਰੇਸ਼ ਤੇ ਸੰਜੇ ਗੁਪਤਾ, ਨਵਾਂ ਗ੍ਰਾਮ ਮਾਰਕੀਟ ਐਸੋਸੇਸ਼ਨ ਦੇ ਸਾਬਕਾ ਪ੍ਰਧਾਨ ਦੇਸ ਰਾਜ ਬੰਸਲ, ਮਿਥਲਾਂਚਲ ਛੇਠ ਪੂਜਾ ਕਮੇਟੀ ਦੇ ਪ੍ਰਧਾਨ ਗਿਆਨ ਚੰਦ ਭੰਡਾਰੀ ਅਤੇ ਜਨਰਲ ਸਕੱਤਰ ਕੰਮੇਸ਼ਵਰ ਸ਼ਾਹ, ਮਿਥਲਾਚਲ ਵਿਕਾਸ ਸਭਾ ਟ੍ਰਾਇਟੀ ਫੁੱਲ ਚੰਦ ਮੰਡਲ, ਆਟੋ ਯੂਨੀਅਨ ਸਿੰਘਾ ਦੇਵੀ ਕੇ ਪ੍ਰਭੁ ਮੁਖੀਆ, ਮਜਦੂਰ ਸੇਨਾ ਕੇ ਜਨਰਲ ਸਕੱਤਰ ਮਦਨ ਮੰਡਲ, ਗੌ ਸੇਵਾ ਪ੍ਰਮੁੱਖ ਸੁਸ਼ੀਲ ਰੋਹੀਲਾ ਅਤੇ ਹੋਰ।

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ

ਚੰਡੀਗੜ੍ਹ/ਬਿਊਰੋ ਨਿਊਜ਼ 

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦੀ ਪੁਆਇੰਟ ਤੋਂ ਪੁਲਿਸ ਵੱਲੋਂ ਚੁੱਕੇ ਜਾਣ ਤੋਂ ਬਾਅਦ ਮਾਮਲਾ ਵਧਦਾ ਨਜ਼ਰ ਆ ਰਿਹਾ ਹੈ। ਇਸ ਦੇ ਚੱਲਦਿਆਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਇਹ ਨਜ਼ਰਬੰਦੀ ਭਗਵੰਤ ਮਾਨ ਸਰਕਾਰ ਵੱਲੋਂ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਹੈ। ਬਿੱਟੂ ਨੇ ਕਿਹਾ ਕਿ ਕਿਸਾਨ ਆਗੂ ਡੱਲੇਵਾਲ ਦੀ ਨਜ਼ਰਬੰਦੀ ਭਗਵੰਤ ਮਾਨ ਸਰਕਾਰ ਦੁਆਰਾ ਰਚੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕੇਂਦਰੀ ਏਜੰਸੀ ਕਿਸਾਨ ਆਗੂ ਦੀ ਗਿ੍ਰਫਤਾਰੀ ਵਿੱਚ ਸ਼ਾਮਲ ਨਹੀਂ ਹੈ। ਜ਼ਿਕਰਯੋਗ ਹੈ ਕਿ ਡੱਲੇਵਾਲ ਨੇ ਲੰਘੇ ਕੱਲ੍ਹ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਲਈ ਮਰਨ ਵਰਤ ਸ਼ੁਰੂ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨਵਾਉਣ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ।

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ 

ਚੰਡੀਗੜ੍ਹ/ਬਿਊਰੋ ਨਿਊਜ਼      

ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਬਣਾ ਦਿੱਤਾ ਗਿਆ ਅਤੇ ਉਪ ਪ੍ਰਧਾਨਗੀ ਦਾ ਅਹੁਦਾ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੂੰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਮੈਂ ਪੰਜਾਬ ’ਚ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀਆਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉਪ ਪ੍ਰਧਾਨ ਦੇ ਤੌਰ ’ਤੇ ਕੰਮ ਕਰਨਗੇ। ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਮੈਨੂੰ ਆਪਣੇ ਦੋਵਾਂ ਸਾਥੀਆਂ ’ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ਵਿਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ ਵਿਚ ਹੋਰ ਮਜ਼ਬੂਤ ਕਰਨਗੇ ਅਤੇ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣਗੇ। 

ਕਿਸਾਨ ਆਗੂਆਂ ਨੇ ਖਨੌਰੀ ’ਚ ਕੀਤੀ ਪ੍ਰੈਸ ਕਾਨਫਰੰਸ

ਖਨੌਰੀ/ਬਿਊਰੋ ਨਿਊਜ਼ 

ਖਨੌਰੀ ਬਾਰਡਰ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡੀ ਲੜਾਈ ਕੇਂਦਰ ਸਰਕਾਰ ਨਾਲ ਹੈ, ਸੂਬਾ ਸਰਕਾਰ ਨਾਲ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ ਕੋਲ ਗੱਲਬਾਤ ਲਈ 10 ਦਿਨ ਦਾ ਸਮਾਂ ਹੈ ਤੇ ਉਨ੍ਹਾਂ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਵਲੋਂ ਪਹਿਲਾਂ ਉਲੀਕਿਆ ਪ੍ਰੋਗਰਾਮ ਜਿਉਂ ਦਾ ਤਿਉਂ ਰਹੇਗਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਡੱਲੇਵਾਲ ਨੂੰ ਗਿ੍ਰਫਤਾਰ ਕੀਤਾ ਹੈ ਪਰ ਇਕ ਡੱਲੇਵਾਲ ਦੇ ਨਾਲ ਕਈ ਹੋਰ ਡੱਲੇਵਾਲ ਵੀ ਖੜ੍ਹੇ ਹਨ।

 

ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਨੇ ਕਿਹਾ-ਜਲਦੀ ਕਰੋ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਮੁੜ ਅਪੀਲ ਕੀਤੀ ਹੈ। ਸੁਖਬੀਰ ਬਾਦਲ ਨੇ ਜਥੇਦਾਰ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਸ ਨੂੰ ਤਨਖਾਹੀਆ ਕਰਾਰ ਤਾਂ ਦਿੱਤਾ ਜਾ ਚੁੱਕਿਆ ਹੈ, ਉਸ ’ਤੇ ਜਲਦ ਫੈਸਲਾ ਸੁਣਾਇਆ ਜਾਵੇ। ਸੁਖਬੀਰ ਨੇ ਜਥੇਦਾਰ ਨੂੰ ਲਿਖੀ ਚਿੱਠੀ ਵਿਚ ਕਿਹਾ ਹੈ ਕਿ ਉਸ ਵੱਲੋਂ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ ਅਤੇ ਉਹ ਹੁਣ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਣਾ ਚਾਹੁੰਦਾ ਹੈ ਅਤੇ ਜਲਦ ਇਸ ਸਬੰਧੀ ਫੈਸਲਾ ਕੀਤਾ ਜਾਵੇ। ਧਿਆਨ ਰਹੇ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ, ਪਰ ਤਨਖਾਹ ਲਗਾਉਣ ਸਬੰਧੀ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ।   

 

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਅਕਾਲੀ ਆਗੂਆਂ ਦੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਹੈ। ਇਸ ਇਕੱਤਰਤਾ ’ਚ ਜਥੇਦਾਰ ਨੇ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਨੂੰ ਤਲਬ ਕੀਤਾ ਹੈ। ਆਸ ਹੈ ਕਿ ਇਸ ਦਿਨ ਜਥੇਦਾਰਾਂ ਵੱਲੋਂ ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਜਾਵੇਗੀ। ਇਸਦੇ ਨਾਲ ਹੀ 2007 ਤੋਂ 2017 ਤੱਕ ਪੰਜਾਬ ਕੈਬਨਿਟ ਦਾ ਹਿੱਸਾ ਰਹੇ ਅਕਾਲੀ ਮੰਤਰੀ ਵੀ ਤਲਬ ਕੀਤੇ ਹਨ। ਇਸ ਸਬੰਧੀ ਸਕੱਤਰੇਤ ਵਲੋਂ ਸਬੰਧਿਤਾਂ ਨੂੰ ਪੱਤਰ ਜਾਰੀ ਕਰ ਦਿੱਤੇ ਗਏ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸਮੁੱਚੇ ਸਕੱਤਰਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੌਜੂਦ ਰਹਿਣ ਲਈ ਕਿਹਾ ਗਿਆ ਹੈ। 

 

ਸਰਵਣ ਸਿੰਘ ਪੰਧੇਰ ਦਾ ਆਰੋਪ : ਸੋਲਰ ਪ੍ਰੋਜੈਕਟ ਦਾ ਸਮਝੌਤਾ ਪੰਜਾਬ ਸਣੇ 12 ਸੂਬਿਆਂ ਨਾਲ ਹੋਇਆ ਸੀ 

ਜਲੰਧਰ/ਬਿਊਰੋ ਨਿਊਜ਼ 

ਗੌਤਮ ਅਡਾਨੀ ’ਤੇ ਲੱਗੇ ਭਿ੍ਰਸ਼ਟਾਚਾਰ ਅਤੇ ਰਿਸ਼ਵਤ ਦੇਣ ਦੇ ਆਰੋਪਾਂ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀ ਸਵਾਲ ਚੁੱਕੇ ਹਨ। ਇਸ ਮਾਮਲੇ ਵਿਚ ਕਿਸਾਨ ਆਗੂ ਪੰਧੇਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਦੇਸ਼ ਦੀਆਂ ਕਈ ਸਰਕਾਰਾਂ ’ਤੇ ਗੰਭੀਰ ਆਰੋਪ ਲਗਾਏ ਹਨ। ਪੰਧੇਰ ਨੇ ਸੂਬੇ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਕੋਲੋਂ ਵੀ ਅਡਾਨੀ ਮਾਮਲੇ ਵਿਚ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਕਰੀਬ ਦੋ ਸਾਲ ਦੀ ਜਾਂਚ ਤੋਂ ਬਾਅਦ ਗੌਤਮ ਅਡਾਨੀ ’ਤੇ ਅਰੋਪ ਲੱਗੇ ਹਨ ਅਤੇ ਉਨ੍ਹਾਂ ਦੀ ਗਿ੍ਰਫਤਾਰੀ ਦਾ ਵਾਰੰਟ ਵੀ ਜਾਰੀ ਹੋਇਆ ਹੈ। ਜ਼ਿਕਰਯੋਗ ਹੈ ਕਿ ਭਾਰਤ ਵਿਚ ਸੋਲਰ ਐਨਰਜੀ ਨਾਲ ਜੁੜਿਆ ਕੰਟਰੈਕਟ ਹਾਸਲ ਕਰਨ ਦੇ ਲਈ ਭਾਰਤੀ ਅਧਿਕਾਰੀਆਂ ਨੂੰ ਕਰੀਬ 2200 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੇ ਗੌਤਮ ਅਡਾਨੀ ’ਤੇ ਆਰੋਪ ਲੱਗੇ ਹਨ। ਇਹ ਪੂਰਾ ਮਾਮਲਾ ਅਡਾਨੀ ਗਰੁੱਪ ਦੀ ਕੰਪਨੀ ਅਡਾਨੀ ਗਰੀਨ ਐਨਰਜੀ ਲਿਮਟਿਡ ਅਤੇ ਇਕ ਹੋਰ ਫਰਮ ਨਾਲ ਜੁੜਿਆ ਹੋਇਆ ਹੈ। ਕਿਸਾਨ ਆਗੂ ਪੰਧੇਰ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਇਹ ਸਮਝੌਤਾ ਕਰੀਬ 12 ਸੂਬਿਆਂ ਨਾਲ ਕੀਤਾ ਗਿਆ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਤੋਂ ਵੱਖ ਨਹੀਂ ਹਨ। ਉਨ੍ਹਾਂ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਤਾਂ ਜੋ ਸੱਚਾਈ ਸਾਹਮਣੇ ਆ ਸਕੇ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.