Friday, 17 April 2026

ਡਾਇਰੈਕਟਰ ਕਮਿਊਨੀਕੇਸ਼ਨ ਸੋਸ਼ਲ ਮੀਡੀਆ ਮਨਪ੍ਰੀਤ ਕੌਰ ਵਲੋਂ ਵੀ ਅਸਤੀਫਾ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦੋ ਨੇੜਲਿਆਂ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਅਤੇ ਡਾਇਰੈਕਟਰ ਕਮਿਊਨੀਕੇਸ਼ਨਜ਼ ਸੋਸ਼ਲ ਮੀਡੀਆ ਮਨਪ੍ਰੀਤ ਕੌਰ ਨੇ ਵੀ ਆਪਣੇ-ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਦੇ ਓਐਸਡੀ ਉਂਕਾਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਇਸ ਤੋਂ ਬਾਅਦ ਡਾਇਰੈਕਟਰ ਸੰਚਾਰ ਨਵਨੀਤ ਵਧਵਾ ਨੇ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਹਲਚਲ ਵਧੀ ਹੈ। ਹੁਣ ਚਰਚਾ ਚੱਲ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਦੇ ਭਰੋਸੇਮੰਦ ਇਕ ਵਿਅਕਤੀ ਨੂੰ ਮੁੱਖ ਮੰਤਰੀ ਮਾਨ ਦਾ ਸਲਾਹਕਾਰ ਨਿਯੁਕਤ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦ ਕੇ ਉਨ੍ਹਾਂ ਨਾਲ ਮੀਟਿੰਗ ਵੀ ਕੀਤੀ ਸੀ ਅਤੇ ਵਿਭਾਗਾਂ ਦੇ ਕੰਮਾਂ ਸਬੰਧੀ ਜਾਣਕਾਰੀ ਲਈ ਸੀ। ਪੰਜਾਬ ਸਰਕਾਰ ਦੇ ਕੰਮਾਂ ’ਚ ਆਮ ਆਦਮੀ ਪਾਰਟੀ ਦੀ ਹਾਈਕਮਾਨ ਦੇ ਵਧਦੇ ਦਖਲ ਨੇ ਨਵੀਂ ਚਰਚਾ ਵੀ ਛੇੜ ਦਿੱਤੀ ਹੈ।  

 

 

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਆ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼

ਸੁੱਚਾ ਸਿੰਘ ਲੰਗਾਹ ਦੀ ਸ਼ੋ੍ਰਮਣੀ ਅਕਾਲੀ ਦਲ ਵਿਚ ਵਾਪਸੀ ਹੋ ਗਈ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲੰਗਾਹ ਨੂੰ ਮੁੜ ਪਾਰਟੀ ਵਿਚ ਸ਼ਾਮਲ ਕਰਨ ਦਾ ਫੈਸਲਾ ਲਿਆ ਹੈ। ਧਿਆਨ ਰਹੇ ਕਿ ਸੁੱਚਾ ਸਿੰਘ ਲੰਗਾਹ ਦੇ ਖਿਲਾਫ 29 ਸਤੰਬਰ 2017 ਨੂੰ ਇਕ ਮਹਿਲਾ ਕਾਂਸਟੇਬਲ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਲੰਗਾਹ ਨੂੰ ਬਰੀ ਵੀ ਕਰ ਦਿੱਤਾ ਸੀ। ਜਦੋਂ ਲੰਗਾਹ ’ਤੇ ਆਰੋਪ ਲੱਗੇ ਸਨ ਤਾਂ ਉਨ੍ਹਾਂ ਨੇ ਸ਼ੋ੍ਰਮਣੀ ਅਕਾਲੀ ਦਲ ਵਿਚੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਲੰਗਾਹ ਨੇ ਮੁੜ ਅਕਾਲੀ ਦਲ ਵਿਚ ਵਾਪਸੀ ਲਈ ਇੱਛਾ ਪ੍ਰਗਟਾਈ ਅਤੇ ਹੁਣ ਉਨ੍ਹਾਂ ਨੂੰ ਮੁੜ ਅਕਾਲੀ ਦਲ ਵਿਚ ਸ਼ਾਮਲ ਕਰ ਲਿਆ ਹੈ। ਸਿਆਸੀ ਹਲਕਿਆਂ ਵਿਚ ਚਰਚਾ ਚੱਲ ਰਹੀ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ’ਚ ਹੋਣ ਵਾਲੀ ਜ਼ਿਮਨੀ ਚੋਣ ਲਈ ਅਕਾਲੀ ਦਲ ਸੁੱਚਾ ਸਿੰਘ ਲੰਗਾਹ ਨੂੰ ਟਿਕਟ ਦੇ ਸਕਦਾ ਹੈ। 

28 ਅਕਤੂਬਰ ਨੂੰ ਹੋਣੀ ਹੈ ਸ਼ੋ੍ਰਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 28 ਅਕਤੂਬਰ ਨੂੰ ਹੋਣ ਵਾਲਾ ਸਲਾਨਾ ਜਨਰਲ ਇਜਲਾਸ ਇਸ ਵਾਰ ਅਹਿਮ ਹੋਵੇਗਾ।  ਅੰਮਿ੍ਰਤਸਰ ’ਚ 28 ਅਕਤੂਬਰ ਨੂੰ ਮੌਜੂਦਾ ਹਾਊਸ ਦੇ ਸ਼੍ਰੋਮਣੀ ਕਮੇਟੀ ਮੈਂਬਰ ਅਧਿਕਾਰਤ ਤੌਰ ’ਤੇ ਆਪਣੀ ਵੋਟ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ, ਅਹੁਦੇਦਾਰਾਂ ਤੇ ਅੰਤਿ੍ਰੰਗ ਕਮੇਟੀ ਮੈਂਬਰਾਂ ਦੀ ਚੋਣ ਕਰਨਗੇ। ਇਸ ਵਾਰ ਇਹ ਚੋਣ ਹੋਰ ਵੀ ਅਹਿਮ ਮੰਨੀ ਜਾ ਰਹੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਬਾਗੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਬਣਾ ਕੇ ਚੱਲੇ ਟਕਸਾਲੀ ਆਗੂ ਵੀ ਮਜ਼ਬੂਤ ਧੜੇ ਵਜੋਂ ਉੱਭਰ ਕੇ ਸਾਹਮਣੇ ਆ ਸਕਦੇ ਹਨ।  ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਮੀਦਵਾਰ ਹੋ ਸਕਦੇ ਹਨ। ਇਸੇ ਤਰ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਬਣਾਈ ਗਈ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਨੂੰ ਪ੍ਰਧਾਨਗੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਇਹ ਦੋਵੇਂ ਆਗੂ ਪਿਛਲੇ ਸਮੇਂ ਤੋਂ ਮੈਂਬਰਾਂ ਨਾਲ ਲਗਾਤਾਰ ਰਾਬਤਾ ਕਾਇਮ ਕਰ ਰਹੇ ਹਨ।

ਵਿਰੋਧੀ ਪਾਰਟੀਆਂ ਨੇ ‘ਆਪ’ ਸਰਕਾਰ ’ਤੇ ਲਗਾਏ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ 15 ਅਕਤੂੁਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਲੰਘੇ ਬੁੱਧਵਾਰ ਅਤੇ ਵੀਰਵਾਰ ਨੂੰ ਦੋ ਦਿਨ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਬੀ ਡੀ ਪੀ ਓ ਦਫਤਰ ਖੁੱਲ੍ਹੇ ਰੱਖੇ ਗਏ ਸਨ ਤਾਂ ਜੋ ਉਮੀਦਵਾਰਾਂ ਨੂੰ ਐਨ ਓ ਸੀ ਅਤੇ ਚੁੱਲ੍ਹਾ ਟੈਕਸ ਦੀਆਂ ਰਸੀਦਾਂ ਜਾਰੀ ਕੀਤੀਆਂ ਜਾ ਸਕਣ। ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਆਰੋਪ ਲਗਾ ਰਹੇ ਹਨ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਸੱਤਾਧਾਰੀ ਪਾਰਟੀ ਦੇ ਹੁਕਮਾਂ ’ਤੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਭਲਕੇ 5 ਅਕਤੂਬਰ ਨੂੰ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਣੀ ਹੈ ਤੇ 7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਅੰਤਿਮ ਦਿਨ ਹੈ। ਪੰਜਾਬ ਵਿਚ  ਪੰਚਾਇਤੀ ਚੋਣਾਂ ਲਈ ਵੋਟਾਂ 15 ਅਕਤੂਬਰ ਨੂੰ ਪੈਣੀਆਂ ਹਨ ਤੇ ਉਸੇ ਦਿਨ ਵੋਟਾਂ ਦੀ ਗਿਣਤੀ ਵੀ ਹੋ ਜਾਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ। 

 

 

 

‘ਆਪ’ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ ਸੰਤ ਬਲਬੀਰ ਸਿੰਘ ਸੀਚੇਵਾਲ

ਚੰਡੀਗੜ੍ਹ/ਬਿਊਰੋ ਨਿਊਜ਼

ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਵਿੱਚ ਕੁੱਲ 31 ਮੈਂਬਰ ਹਨ, ਜਿਨ੍ਹਾਂ ਵਿੱਚੋਂ 10 ਮੈਂਬਰ ਰਾਜ ਸਭਾ ਦੇ ਹਨ ਅਤੇ 21 ਮੈਂਬਰ ਲੋਕ ਸਭਾ ਤੋਂ ਹਨ। ਇਸ ਕਮੇਟੀ ਦੇ ਚੇਅਰਮੈਨ ਉਲਕਾ, ਸ਼੍ਰੀ ਸਪਤਗਿਰੀ ਸ਼ੰਕਰ ਹਨ। ਜ਼ਿਕਰਯੋਗ ਹੈ ਕਿ ਪਾਰਲੀਮੈਂਟ ਵਿੱਚ ਬਣਾਈਆਂ ਜਾਂਦੀਆਂ ਇਹਨਾਂ ਕਮੇਟੀਆਂ ਵਲੋਂ ਟੂਰ ਪ੍ਰੋਗਰਾਮਾਂ ਰਾਹੀ ਗਰਾਊਂਡ ਲੈਵਲ ਉਪਰ ਹੋ ਰਹੇ ਕੰਮਾਂ ਬਾਰੇ ਸਮੀਖਿਆ ਕੀਤੀ ਜਾਂਦੀ ਹੈ। ਜਿਸ ਦੀਆਂ ਰਿਪੋਰਟਾਂ ਤਿਆਰ ਕਰਕੇ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿੱਚ ਪੇਸ਼ ਕੀਤੀਆਂ ਜਾਂਦੀਆਂ ਹਨ। ਇਸਦੇ ਅਧਾਰ ’ਤੇ ਸਰਕਾਰ ਵੱਲੋਂ ਨਵੇਂ ਕਾਨੂੰਨ ਬਣਾਏ ਜਾਂਦੇ ਹਨ ਤੇ ਫੰਡ ਜਾਰੀ ਕੀਤੇ ਜਾਂਦੇ ਹਨ। ਮਿਲੀ ਜਾਣਕਾਰੀ ਮੁਤਾਬਕ ਇਸ ਕਮੇਟੀ ਦੀ ਪਹਿਲੀ ਮੀਟਿੰਗ 16 ਅਕੂਤਬਰ 2024 ਨੂੰ ਹੋਵੇਗੀ।

 

ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜੇ ਮੁੱਦੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾਣ : ਜਾਖੜ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਪ੍ਰਤੀ ਨਜ਼ਰੀਆ ਬਦਲਣ ਦੀ ਸਲਾਹ ਦਿੱਤੀ ਹੈ। ਜਾਖੜ ਨੇ ਨਸੀਹਤ ਦਿੰਦਿਆਂ ਕਿਹਾ ਕਿ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜੇ ਮੁੱਦੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾਣੇ ਚਾਹੀਦੇ ਹਨ। ਸੁਨੀਲ ਜਾਖੜ ਨੇ ਇੱਥੋਂ ਤੱਕ ਵੀ ਕਹਿ ਦਿੱਤਾ ਕਿ ਜਿਸ ਵਿਅਕਤੀ ਨੂੰ ਵੀ ਪੰਜਾਬ ਭਾਜਪਾ ਦਾ ਪ੍ਰਧਾਨ ਲਗਾਇਆ ਜਾਵੇ, ਉਸ ਨੂੰ ਖੁਦਮੁਖਤਿਆਰੀ ਅਤੇ ਪੂਰੇ ਅਧਿਕਾਰ ਦਿੱਤੇ ਜਾਣ। ਜਾਖੜ ਨੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ’ਤੇ ਵੀ ਸਵਾਲ ਚੁੱਕੇ ਹਨ। ਧਿਆਨ ਰਹੇ ਕਿ ਜਾਖੜ ਪਿਛਲੇ ਕੁਝ ਦਿਨਾਂ ਤੋਂ ਭਾਜਪਾ ਹਾਈਕਮਾਨ ਦੇ ਫੈਸਲਿਆਂ ਦੇ ਖਿਲਾਫ ਚੱਲ ਰਹੇ ਹਨ ਅਤੇ ਜਾਖੜ ਨੇ ਪਾਰਟੀ ਦੀਆਂ ਮੀਟਿੰਗਾਂ ਤੋਂ ਵੀ ਦੂਰੀ ਬਣਾਈ ਹੋਈ ਹੈ। ਇਸ ਤੋਂ ਸਪੱਸ਼ਟ ਹੈ ਕਿ ਜਾਖੜ ਦੀ ਨਰਾਜ਼ਗੀ ਭਾਜਪਾ ਨਾਲ ਹੁਣ ਦਿਨੋਂ ਦਿਨ ਵਧਦੀ ਹੀ ਜਾ ਰਹੀ ਹੈ।  ਪਿਛਲੇ ਦਿਨੀਂ ਤਾਂ ਸੁਨੀਲ ਜਾਖੜ ਦੇ ਅਸਤੀਫੇ ਦੀਆਂ ਚਰਚਾਵਾਂ ਵੀ ਚੱਲਦੀਆਂ ਰਹੀਆਂ ਹਨ।  

 

 

ਆਬੂਧਾਬੀ ਫਲਾਈਟ ਦੇ ਸਮੇਂ ਵਿਚ ਵੀ ਹੋਵੇਗਾ ਬਦਲਾਅ

ਚੰਡੀਗੜ੍ਹ/ਬਿਊਰੋ ਨਿਊਜ਼

ਚੰਡੀਗੜ੍ਹ ਦੇ ਅੰਤਰਰਾਸ਼ਟਰੀ ਏਅਰਪੋਰਟ ਤੋਂ ਇਸ ਵਿੰਟਰ ਸੀਜ਼ਨ ਵਿਚ ਹਾਂਗਕਾਂਗ ਅਤੇ ਸ਼ਾਰਜਾਹ ਦੇ ਲਈ ਸਿੱਧੀ ਅੰਤਰਰਾਸ਼ਟਰੀ ਉਡਾਨ ਸ਼ੁਰੂ ਹੋਣ ਦੀ ਸੰਭਾਵਨਾ ਹੈ। ਏਅਰਪੋਰਟ ਅਥਾਰਿਟੀ ਨੇ ਵਿੰਟਰ ਸ਼ਡਿਊਲ ਬਣਾਉਣ ਲਈ ਇਨ੍ਹਾਂ ਦੋਵਾਂ ਫਲਾਈਟਾਂ ਨੂੰ ਸ਼ੁਰੂ ਕਰਨ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਘਰੇਲੂ ਉਡਾਣਾਂ ਦੇ ਤਹਿਤ ਧਾਰਮਿਕ ਸਥਾਨਾਂ ਲਈ ਵੀ ਉਡਾਣਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਏਅਰਪੋਰਟ ਅਥਾਰਿਟੀ ਵਲੋਂ ਦੱਸਿਆ ਗਿਆ ਕਿ ਇਹ ਫਲਾਈਟ ਯਾਤਰੀਆਂ ਦੇ ਲਈ ਇਸ ਸੀਜ਼ਨ ਵਿਚ ਇਕ ਵੱਡੀ ਰਾਹਤ ਸਾਬਤ ਹੋਵੇਗੀ। ਇਸੇ ਦੌਰਾਨ ਆਬੂਧਾਬੀ ਦੇ ਲਈ ਪਹਿਲਾਂ ਤੋਂ ਚੱਲ ਰਹੀ ਫਲਾਈਟ ਦੇ ਸਮੇਂ ਵਿਚ ਵੀ ਬਦਲਾਅ ਕੀਤਾ ਜਾ ਰਿਹਾ ਹੈ। ਇਹ ਫਲਾਈਟ ਹੁਣ 29 ਅਕਤੂਬਰ ਤੋਂ ਚੰਡੀਗੜ੍ਹ ਤੋਂ ਦੁਪਹਿਰ 11 ਵੱਜ ਕੇ 10 ਮਿੰਟ ’ਤੇ ਉਡਾਨ ਭਰੇਗੀ, ਜਦੋਂ ਕਿ ਆਬੂਧਾਬੀ ਤੋਂ ਰਾਤ 2 ਵੱਜ ਕੇ 30 ਮਿੰਟ ’ਤੇ ਸਥਾਨਕ ਸਮੇਂ ਅਨੁਸਾਰ ਚੰਡੀਗੜ੍ਹ ਲਈ ਉਡਾਨ ਭਰੇਗੀ।

 

‘ਆਪ’ ਵਿਧਾਇਕਾਂ ਤੇ ਮੰਤਰੀਆਂ ਨੂੰ ਚਿਤਾਵਨੀ ਪੱਤਰ ਦੇਣ ਦਾ ਐਲਾਨ

ਖੰਨਾ/ਬਿਊਰੋ ਨਿਊਜ਼

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇ ਪੰਜਾਬ ਵਿਚ ਝੋਨੇ ਦੀ ਖਰੀਦ ਸਮੇਂ ਸਿਰ ਨਾ ਕੀਤੀ ਗਈ ਤਾਂ ਸੂਬੇ ਦੇ ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਬਲਬੀਰ ਸਿੰਘ ਰਾਜੇਵਾਲ ਨੇ ਖੰਨਾ ਵਿਚ ਕਿਸਾਨਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ ਹੈ। ਰਾਜੇਵਾਲ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੀ ਕਥਿਤ ਮਿਲੀਭੁਗਤ ਤੇ ਕਿਸਾਨ ਵਿਰੋਧੀ ਸੋਚ ਕਾਰਨ ਪਿਛਲੇ ਕਈ ਵਰ੍ਹਿਆਂ ਤੋਂ ਸੂਬੇ ਦੇ ਸਾਰੇ ਗੁਦਾਮਾਂ ਵਿਚੋਂ ਕਣਕ ਤੇ ਚੌਲ ਦੇ ਭੰਡਾਰ ਦੂਜੇ ਸੂਬਿਆਂ ਨੂੰ ਨਹੀਂ ਭੇਜੇ ਗਏ, ਜਿਸ ਕਾਰਨ ਝੋਨੇ ਦੀ ਖਰੀਦ ਦਾ ਸੰਕਟ ਖੜ੍ਹਾ ਹੋ ਗਿਆ ਹੈ। ਇਸੇ ਤਰ੍ਹਾਂ ਆਲੂ ਅਤੇ ਕਣਕ ਦੀ ਬਿਜਾਈ ਲਈ ਪੰਜਾਬ ਵਿਚ ਡੀਏਪੀ ਖਾਦ ਦੀ ਭਾਰੀ ਤੋਟ ਨੇ ਵੀ ਕਿਸਾਨਾਂ ਨੂੰ ਚਿੰਤਤ ਕਰ ਦਿੱਤਾ ਹੈ, ਜੋ ਸਿਰਫ ਦੋਵਾਂ ਸਰਕਾਰਾਂ ਦੀ ਨਲਾਇਕੀ ਦਾ ਨਤੀਜਾ ਹੈ। ਇਸ ਮੌਕੇ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਕਿਸਾਨ ਯੂਨੀਅਨ ਦੇ ਵਰਕਰ 5 ਅਕਤੂਬਰ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਘਰਾਂ ਵਿਚ ਜਾ ਕੇ ਚਿਤਾਵਨੀ ਪੱਤਰ ਦੇਣਗੇ।

ਵਿਦੇਸ਼ਾਂ ’ਚ ਲੈਣ-ਦੇਣ ਦੇ ਮਾਮਲੇ ਵਿਚ ਹੋ ਰਹੀ ਈਡੀ ਦੀ ਕਾਰਵਾਈ

ਲੁਧਿਆਣਾ/ਬਿਊਰੋ ਨਿਊਜ਼

ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਘਰ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਰੇਡ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਈਡੀ ਦੀ ਇਹ ਕਾਰਵਾਈ ਵਿਦੇਸ਼ਾਂ ਵਿਚ ਲੈਣ-ਦੇਣ ਨੂੰ ਲੈ ਕੇ ਹੋਈ ਹੈ। ਇਸ ਮਾਮਲੇ ਵਿਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ੋਸ਼ਲ ਮੀਡੀਆ ’ਤੇ ਜਾਣਕਾਰੀ ਦਿੱਤੀ ਹੈ ਅਤੇ ਕਿਹਾ ਕਿ ਮੈਂ ਇਕ ਇੱਜ਼ਤਦਾਰ ਨਾਗਰਿਕ ਹਾਂ। ਸਾਡੇ ਘਰ ਦੀ ਤਲਾਸ਼ੀ ਕਿਉਂ ਲਈ ਜਾ ਰਹੀ ਹੈ, ਇਸ ਬਾਰੇ ਕੁਝ ਨਹੀਂ ਪਤਾ ਲੱਗ ਰਿਹਾ। ਅਰੋੜਾ ਨੇ ਕਿਹਾ ਕਿ ਮੈਂ ਏਜੰਸੀਆਂ ਨਾਲ ਪੂਰਾ ਸਹਿਯੋਗ ਕਰਾਂਗਾ ਅਤੇ ਉਨ੍ਹਾਂ ਦੇ ਹਰ ਸਵਾਲ ਦਾ ਜਵਾਬ ਵੀ ਦਿਆਂਗਾ। ਉਧਰ ਦੂੁਜੇ ਪਾਸੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਇਸ ਮਾਮਲੇ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ ਹੈ ਅਤੇ ਕਿਹਾ ਕਿ ਅੱਜ ਫਿਰ ਮੋਦੀ ਜੀ ਨੇ ਆਪਣੇ ਤੋਤੇ-ਮੈਨਾ ਨੂੰ ਖੁੱਲ੍ਹਾ ਛੱਡ ਦਿੱਤਾ ਹੈ। ਧਿਆਨ ਰਹੇ ਕਿ ਈਡੀ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀਆਂ ਦੇ ਘਰ ਵੀ ਛਾਪੇ ਮਾਰੇ ਹਨ।

ਭਾਜਪਾ ਰਾਮ ਰਹੀਮ ਨੂੰ ਪੈਰੋਲ ਦੇ ਕੇ ਸਿੱਖ ਜਜ਼ਬਾਤਾਂ ਨਾਲ ਖੇਡ ਰਹੀ ਹੈ : ਧਾਲੀਵਾਲ

ਅਜਨਾਲਾ/ਬਿਊਰੋ ਨਿਊਜ਼

ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸਿਰਸਾ ਮੁਖੀ ਨੂੰ ਮਿਲੀ ਪੈਰੋਲ ਦਾ ਸਖਤ ਵਿਰੋਧ ਕੀਤਾ ਹੈ। ਹਰਿਆਣਾ ਸਰਕਾਰ ਵਲੋਂ ਡੇਰਾ ਮੁਖੀ ਨੂੰ 20 ਦਿਨ ਦੀ ਪੈਰੋਲ ਦੇਣ ’ਤੇ ਧਾਲੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਭਾਜਪਾ ਸਿੱਖ ਜਜ਼ਬਾਤਾਂ ਨਾਲ ਖੇਡ ਰਹੀ ਹੈ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਲਾਹਾ ਲੈਣ ਲਈ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਰਹੀ ਹੈ। ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਧਾਲੀਵਾਲ ਨੇ ਕਿਹਾ ਕਿ ਭਾਜਪਾ ਜੋ ਮਰਜ਼ੀ ਕਰ ਲਵੇ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਕਰਾਰੀ ਹਾਰ ਹੋਵੇਗੀ। ਜ਼ਿਕਰਯੋਗ ਹੈ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਜ਼ਬਰ ਜਨਾਹ ਦੇ ਦੋਸ਼ਾਂ ਹੇਠ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ ਅਤੇ ਹਰਿਆਣਾ ਸਰਕਾਰ ਨੇ ਡੇਰਾਮੁਖੀ ਨੂੰ ਫਿਰ 20 ਦਿਨ ਦੀ ਪੈਰੋਲ ਦਿੱਤੀ ਹੈ, ਜਿਸਦਾ ਵਿਰੋਧ ਵੀ ਹੋ ਰਿਹਾ ਹੈ।   

ਡੀਜੀਪੀ ਗੌਰਵ ਯਾਦਵ ਵਲੋਂ ਦਿੱਤੀ ਗਈ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਤਸਕਰੀ ਦੇ ਆਰੋਪ ਵਿਚ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਦੋਵੇਂ ਆਰੋਪੀਆਂ ਕੋਲੋਂ 1 ਕਿੱਲੋਂ ਤੋਂ ਜ਼ਿਆਦਾ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਵਲੋਂ ਦੱਸਿਆ ਗਿਆ ਇਹ ਦੋਵੇਂ ਵਿਅਕਤੀ ਅਫਗਾਨ ਹੈਂਡਲਰਜ਼ ਦੇ ਸੰਪਰਕ ਵਿਚ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ’ਤੇ ਇਸ ਸਬੰਧੀ ਜਾਣਕਾਰੀ ਵੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲਿਸ ਨੇ ਇਨ੍ਹਾਂ ਦੋਵੇਂ ਆਰੋਪੀਆਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਪੁਲਿਸ ਇਨ੍ਹਾਂ ਬਾਰੇ ਜਾਂਚ ਕਰਨ ਵਿਚ ਜੁਟ ਗਈ ਹੈ।  

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੀਬੀ ਜਗੀਰ ਕੌਰ ਖਿਲਾਫ ਪਹੁੰਚੀਆਂ ਸਨ ਸ਼ਿਕਾਇਤਾਂ

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਅੱਜ ਬੁੱਧਵਾਰ ਨੂੰ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪ ਦਿੱਤਾ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਮ ਇਸ ਤਿੰਨ ਸਫ਼ਿਆਂ ਦੇ ਸਪੱਸ਼ਟੀਕਰਨ ਪੱਤਰ ਵਿਚ ਉਨ੍ਹਾਂ ਕਿਹਾ ਕਿ ਮੈਂ ਪੰਥਕ ਪਰਿਵਾਰ ਨਾਲ ਸੰਬੰਧ ਰੱਖਦੀ ਹਾਂ, ਜਿਸ ਦੇ ਵੱਡੇ ਵਡੇਰਿਆਂ ਨੇ ਸਿੱਖੀ ਦੇ ਪ੍ਰਚਾਰ, ਪ੍ਰਸਾਰ ਅਤੇ ਪੰਥਕ ਜੱਦੋ ਜਹਿਦ ਵਿਚ ਜ਼ਿਕਰਯੋਗ ਹਿੱਸਾ ਪਾਇਆ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਵਿਰੋਧੀ ਕਿਸੇ ਵੀ ਤਰ੍ਹਾਂ ਦਾ ਕੰਮ ਕਰਨ ਬਾਰੇ ਮੈਂ ਸੋਚ ਵੀ ਨਹੀਂ ਸਕਦੀ। ਜ਼ਿਕਰਯੋਗ ਹੈ ਕਿ ਲੰਘੀ 26 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਦੇ ਸੰਦਰਭ ਵਿਚ ਇਕ ਹਫ਼ਤੇ ਦੇ ਅੰਦਰ-ਅੰਦਰ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.