Wednesday, 22 April 2026

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਪਾਕਿਸਤਾਨ- ਸਮਰਥਿਤ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦੇ ਤਿੰਨ ਮਾਸਟਰਮਾਈਂਡਾਂ ਨੂੰ 24.5 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਨੂਰਵਾਲ ਦੇ ਰਹਿਣ ਵਾਲੇ ਜਗਜੀਤ ਸਿੰਘ ਉਰਫ਼ ਰਾਣਾ, ਅੰਮ੍ਰਿਤਸਰ ਦੇ ਪਿੰਡ ਔਲਖ ਖੁਰਦ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਧੂਪਸੜੀ ਦੇ ਰਹਿਣ ਵਾਲੇ ਰੌਸ਼ਨ ਸਿੰਘ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਬੀ.ਐਸ.ਐਫ. ਅਤੇ ਪੁਲਿਸ ਟੀਮਾਂ ਨੇ ਮਲਟੀ-ਕਾਪਟਰ ਡਰੋਨ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਖੇਪ ਪਹੁੰਚਾਉਣ ਲਈ ਕੀਤੀ ਜਾਂਦੀ ਸੀ ਅਤੇ ਇੱਕ ਐਸ.ਯੂ.ਵੀ. ਮਹਿੰਦਰਾ ਥਾਰ ਸਮੇਤ ਦੋ ਕਾਰਾਂ, ਜੋ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਵਰਤੀਆਂ ਜਾਂਦੀਆਂ ਸਨ, ਵੀ ਜ਼ਬਤ ਕੀਤੀਆਂ ਗਈਆਂ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਸਿੱਧੇ ਸਬੰਧ ਸਨ। ਉਨ੍ਹਾਂ ਦੱਸਿਆ ਕਿ ਡੂੰਘੀ ਤਕਨੀਕੀ ਜਾਂਚ ਉਪਰੰਤ ਪੁਲਿਸ ਟੀਮਾਂ ਨੇ ਸਰਹੱਦ ਪਾਰੋਂ ਚੱਲ ਰਹੇ ਇਸ ਨੈੱਟਵਰਕ ਨੂੰ ਨਸ਼ਟ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ  ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏ.ਐਨ.ਟੀ.ਐਫ. ਦੇ ਪੁਲਿਸ ਸੁਪਰਡੈਂਟ (ਐਸਪੀ) ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਕਾਰਵਾਈ ਦੋ ਪੜਾਵਾਂ ਤਹਿਤ ਅਮਲ ਵਿੱਚ ਲਿਆਂਦੀ ਗਈ ਸੀ। ਪਹਿਲੇ ਪੜਾਅ ਵਿੱਚ ਇੱਕ ਮਲਟੀ-ਕਾਪਟਰ ਡਰੋਨ ਦੇ ਨਾਲ 12.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਫਿਰ ਡਰੋਨ ਦੇ ਤਕਨੀਕੀ ਡੇਟਾ, ਲੈਟੀਟਿਊਡ-ਲੌਂਗੀਟਿਊਡ ਅਤੇ ਟਾਵਰ ਡੰਪਸ ਦੇ ਮੁਕੰਮਲ ਅਧਿਐਨ ਸਮੇਤ ਫੋਰੈਂਸਿਕ ਵਿਸ਼ਲੇਸ਼ਣ ਤੋਂ ਬਾਅਦ ਮਨਪ੍ਰੀਤ ਸਿੰਘ ਦੇ ਘਰੋਂ 12.4 ਕਿਲੋਗ੍ਰਾਮ ਹੈਰੋਇਨ ਦੀ ਹੋਰ ਖੇਪ ਜ਼ਬਤ ਕੀਤੀ ਗਈ, ਜਿਸ ਨਾਲ ਕੁੱਲ ਬਰਾਮਦਗੀ 24.5 ਕਿਲੋਗ੍ਰਾਮ ਹੋ ਗਈ ਹੈ।

ਐਸ.ਪੀ. ਨੇ ਕਿਹਾ ਕਿ ਦੋਸ਼ੀ ਜਗਜੀਤ ਰਾਣਾ ਨੇ ਹਾਲ ਹੀ ਵਿੱਚ ਡਰੱਗ ਮਨੀ ਨਾਲ ਮਹਿੰਗੇ ਅਤੇ ਆਲੀਸ਼ਾਨ ਇਲਾਕਿਆਂ ਵਿੱਚ ਜਾਇਦਾਦਾਂ ਖਰੀਦੀਆਂ ਅਤੇ ਉਹ ਕਾਰਾਂ ਦਾ ਵੀ ਸ਼ੌਕੀਨ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਆਸ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 43  ਮਿਤੀ 2 ਮਾਰਚ, 2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 23 ਅਤੇ ਏਅਰਕ੍ਰਾਫਟ ਐਕਟ ਦੀ ਧਾਰਾ 25, 26 ਅਤੇ 29 ਤਹਿਤ ਥਾਣਾ ਏ.ਐਨ.ਟੀ.ਐਫ.  ਐਸਏਐਸ ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਕਿਹਾ : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 25 ਲੱਖ ਵਿਅਕਤੀਆਂ ਵੱਲੋਂ ਰਜਿਸਟਰੇਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼    
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ’ਤੇ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਸੀਐਮ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਾਰ ਸਾਲਾਂ ਵਿੱਚ ਸਿਹਤ ਕ੍ਰਾਂਤੀ ਲਈ ਕੀਤੇ ਕੰਮਾਂ ਦੇ ਵੇਰਵੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਸੂਬੇ ਦੇ 25 ਲੱਖ ਵਿਅਕਤੀਆਂ ਨੇ ਰਜਿਸਟਰੇਸ਼ਨ ਕਰਵਾ ਲਈ ਹੈ ਜਦੋਂ ਕਿ 1 ਲੱਖ 60 ਹਜ਼ਾਰ ਵਿਅਕਤੀਆਂ ਨੇ ਇਸ ਯੋਜਨਾ ਦਾ ਲਾਭ ਵੀ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਲਈ 2000 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜੋ ਕਿ ਕੇਂਦਰ ਦੀ ਆਯੂਸ਼ਮਾਨ ਯੋਜਨਾ ਨਾਲੋਂ ਕਿਤੇ ਵੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ 28 ਮਾਰਚ ਨੂੰ ਪੰਜਾਬ ਵਿਚ ਹੋਰ 100 ਨਵੇਂ ਆਮ ਆਦਮੀ ਕਲੀਨਿਕ ਖੋਲ੍ਹ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਭਾਰਤ ਦੇ 140 ਕਰੋੜ ਲੋਕਾਂ ਲਈ ਆਯੁਸ਼ਮਾਨ ਯੋਜਨਾ ਤਹਿਤ 9300 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਜਦੋਂ ਕਿ ਪੰਜਾਬ ਨੇ 3 ਕਰੋੜ ਵਿਅਕਤੀਆਂ ਲਈ 2000 ਕਰੋੜ ਰੁਪਏ ਦਾ ਬਜਟ ਰੱਖ ਲਿਆ ਹੈ।

ਫਾਜ਼ਿਲਕਾ : ਪੰਜਾਬ ਭਰ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਵਿਸ਼ਾਲ ਨੈੱਟਵਰਕ ਕਾਇਮ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿੱਚ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਅਤੇ 350 ਕਿਲੋਮੀਟਰ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰੀ ਦੀ ਆੜ ਵਿੱਚ ਬਣਦੀਆਂ ਘਟੀਆ-ਮਿਆਰ ਵਾਲੀਆਂ ਸੜਕਾਂ ਦੇ ਨਿਰਮਾਣ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ।
ਅੱਜ ਦੇ ਸੜਕੀ ਪ੍ਰਾਜੈਕਟ ਨੂੰ ਪੰਜਾਬ ਭਰ ਵਿੱਚ ਬਣਾਏ ਜਾ ਰਹੇ 43,000 ਕਿਲੋਮੀਟਰ ਦੇ ਵਿਸ਼ਾਲ ਸੜਕੀ ਨੈੱਟਵਰਕ ਦਾ ਹਿੱਸਾ ਦੱਸਿਦਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਖ਼ਤ ਜਵਾਬਦੇਹੀ ਨਾਲ ਸੜਕਾਂ ਚੰਗੀਆਂ ਬਣਨਗੀਆਂ, ਜ਼ਮੀਨਦੋਜ਼ ਤਾਰਾਂ ਰਾਹੀਂ ਬਿਜਲੀ ਦੇ ਖੰਭੇ ਹਟਾਉਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ  ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਵੋਟਰ ਮੁੜ ਫਤਵਾ ਦੇ ਕੇ ਸਰਕਾਰ ਨੂੰ ਵਾਪਸ ਲਿਆਉਣਗੇ।
ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਨੇ ਰਵਾਇਤੀ ਪਾਰਟੀਆਂ ਦੇ 70 ਸਾਲਾਂ ਦੇ ਕਾਰਜਕਾਲ ਨਾਲੋਂ ਵੱਧ ਕੰਮ ਕੀਤਾ ਹੈ। ਸੂਬਾ ਸਰਕਾਰ ਤੇਜ਼ ਗਤੀ ਨਾਲ ਅੱਗੇ ਵਧ ਰਹੀ ਹੈ ਅਤੇ ਸਾਲ 2027 ਵਿੱਚ ਸੂਬਾ ਇਸ ਵਿਕਾਸ ਨੂੰ ਅਗਲੇ ਪੱਧਰ 'ਤੇ ਲੈ ਜਾਵੇਗਾ। ਇਹ ਵਿਕਾਸ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕਈ ਲੋਕ-ਪੱਖੀ ਨੀਤੀਆਂ ਨਾਲ ਜੁੜਿਆ ਹੋਇਆ ਹੈ।”
ਉਨ੍ਹਾਂ ਅੱਗੇ ਕਿਹਾ, “ਇਹ ਕੰਧ 'ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਆਮ ਲੋਕਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਸਾਲ 2027 ਵਿੱਚ ਦੁਬਾਰਾ ਸਰਕਾਰ ਬਣਾਏਗੀ। ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਕਾਰਨ ਅਸੀਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ 100 ਤੋਂ ਵੱਧ ਸੀਟਾਂ ਜਿੱਤਾਂਗੇ। ਲੋਕਾਂ ਦੁਆਰਾ ਦਿਖਾਇਆ ਗਿਆ ਭਾਰੀ ਸਮਰਥਨ ਇਸ ਤੱਥ ਦਾ ਪ੍ਰਮਾਣ ਹੈ ਕਿ ਲੋਕ ਰਵਾਇਤੀ ਪਾਰਟੀਆਂ ਨੂੰ ਮੁੜ ਸਬਕ ਸਿਖਾਉਣ ਦੀ ਉਡੀਕ ਕਰ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਦੋਂ ਕਿ ਵਿਰੋਧੀ ਧਿਰ ਸੱਤਾ ਵਿੱਚ ਹੁੰਦੀ ਹੋਈ ਕਾਰੋਬਾਰ ਵਿੱਚੋਂ ਹਿੱਸਾ ਮੰਗਦੀ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਆਗੂ ਨਸ਼ਿਆਂ ਅਤੇ ਅਪਰਾਧੀਆਂ ਦੀ ਸਰਪ੍ਰਸਤੀ ਕਰਕੇ ਸੂਬੇ ਨੂੰ ਬਰਬਾਦ ਕਰਨਾ ਚਾਹੁੰਦੇ ਹਨ ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬੇਦਖਲ ਕੀਤਾ ਸੀ। ਹੁਣ ਇਹ ਸਾਰੀਆਂ ਪੰਜਾਬ ਵਿਰੋਧੀ ਤਾਕਤਾਂ ਪੰਜਾਬ ਨੂੰ ਬਰਬਾਦ ਕਰਨ ਲਈ ਹੱਥ ਮਿਲਾ ਚੁੱਕੀਆਂ ਹਨ ਅਤੇ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਵੀ ਹੱਥ ਮਿਲਾ ਕੇ ਉਨ੍ਹਾਂ ਨੂੰ ਬਾਹਰ ਦਾ ਰਾਹ ਦਿਖਾਉਣਾ ਚਾਹੀਦਾ ਹੈ।”
ਅਕਾਲੀ ਦਲ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, “ਅਕਾਲੀ ਦਲ ਦੇ ਇਸ ਡਰਾਮੇ ਦਾ ਅਸਲੀ ਨਾਮ 'ਪਰਿਵਾਰ ਬਚਾਓ ਯਾਤਰਾ' ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਇਹ ਕਿਸ ਤੋਂ ਪੰਜਾਬ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਪੰਜਾਬੀਆਂ ਦੇ ਹਿਰਦਿਆਂ ਨੂੰ ਵਲੂੰਧਰਿਆ ਅਤੇ ਮਾਫੀਏ ਨੂੰ ਸਰਪ੍ਰਸਤੀ ਦਿੱਤੀ ਹੈ।” ਉਨ੍ਹਾਂ ਅੱਗੇ ਕਿਹਾ, “ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਸ਼ੱਕੀ ਕਿਰਾਦਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਜਿਸ ਕਾਰਨ ਉਨ੍ਹਾਂ ਦੀਆਂ ਨੌਟੰਕੀਆਂ ਹੁਣ ਨਹੀਂ ਚੱਲਣਗੀਆਂ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਇਨ੍ਹਾਂ ਆਗੂਆਂ ਨੇ ਸੂਬੇ ਵਿੱਚ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਅਤੇ ਨਸ਼ਾ ਤਸਕਰਾਂ ਨੂੰ ਦੀ ਪੁਸ਼ਤਪਨਾਹੀ ਕਰਕੇ ਨੌਜਵਾਨਾਂ ਦੀਆਂ ਨਸਾਂ ਵਿੱਚ ਨਸ਼ਾ ਭਰਿਆ। ਅਕਾਲੀ ਦਲ ਨੇ ਹਮੇਸ਼ਾ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਹੈ ਪਰ ਇਸ ਵਾਰ ਲੋਕ ਇਨ੍ਹਾਂ ਦੇ ਝਾਂਸੇ ਨਹੀਂ ਆਉਣਗੇ। ਅਕਾਲੀ ਲੀਡਰਸ਼ਿਪ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾਈ ਮਹਿਲ ਉਸਾਰ ਰਹੀ ਹੈ, ਪਰ ਪੰਜਾਬੀ ਇਸ ’ਤੇ ਵਿਸ਼ਵਾਸ ਨਹੀਂ ਕਰਨਗੇ।”
ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕਾਂਗਰਸੀ ਆਗੂ ਸੂਬੇ ਵਿੱਚ ਸੱਤਾ ਸੰਭਾਲਣ ਦੇ ਸੁਪਨੇ ਦੇਖ ਰਹੇ ਹਨ। ਕਾਂਗਰਸ ਪਾਰਟੀ ਆਪਸੀ ਕਾਟੋ-ਕਲੇਸ਼ ਕਾਰਨ ਮੂਧੇ ਮੂੰਹ ਡਿੱਗੇਗੀ। ਇਹ ਦੁੱਖ ਦੀ ਗੱਲ ਹੈ ਕਿ ਕਾਂਗਰਸ ਦੇ ਚੋਟੀ ਦੇ ਆਗੂ ਸੱਤਾ ਲਈ ਲੜ ਰਹੇ ਹਨ ਅਤੇ ਸੂਬੇ ਲਈ ਉਨ੍ਹਾਂ ਕੋਲ ਕੋਈ ਏਜੰਡਾ ਨਹੀਂ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸੱਤਾ ਸੰਭਾਲ ਕੇ ਪੰਜਾਬ ਦੇ ਸਰਮਾਏ ਨੂੰ ਲੁੱਟਣਾ ਹੈ, ਪਰ ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ।" ਉਨ੍ਹਾਂ ਅੱਗੇ ਕਿਹਾ, "ਪਹਿਲਾਂ ਇਹ ਰਵਾਇਤੀ ਪਾਰਟੀਆਂ ਸੱਤਾ ਹਾਸਲ ਕਰਨ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ ਪਰ ਹੁਣ ਇਨ੍ਹਾਂ ਪਾਰਟੀਆਂ ਦੁਆਰਾ ਪੈਦਾ ਕੀਤੀ ਗਈ ਗੰਦਗੀ ਨੂੰ ਸਾਫ਼ ਕਰਨ ਲਈ ਝਾੜੂ ਮੌਜੂਦ ਹੈ।"
ਇੱਕ ਵੱਡੀ ਭਲਾਈ ਯੋਜਨਾ ਦਾ ਐਲਾਨ ਕਰਦਿਆਂ, ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਮਿਲਣਗੇ ਅਤੇ ਇਹ ਪੈਸੇ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਯੋਗ ਹੋਣਗੀਆਂ। ਪੰਜਾਬ ਵਿੱਚ ਲਗਭਗ 97 ਫੀਸਦੀ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਅਲਾਟ ਕੀਤੇ ਹਨ। ਇਸ ਦੀ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ।”
ਇਸ ਯੋਜਨਾ ਦੀ ਆਲੋਚਨਾ ਦਾ ਜਵਾਬ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜੋ ਲੋਕ ਇਸ ਯੋਜਨਾ ਦੀ ਸ਼ੁਰੂਆਤ ਨੂੰ ਲੈ ਕੇ ਸੂਬਾ ਸਰਕਾਰ ਦਾ ਮਜ਼ਾਕ ਉਡਾ ਰਹੇ ਹਨ ਜਾਂ ਬੇਬੁਨਿਆਦ ਸਵਾਲ ਉਠਾ ਰਹੇ ਹਨ, ਉਹ ਆਮ ਵਿਅਕਤੀ ਲਈ 1,000 ਰੁਪਏ ਦੀ ਕੀਮਤ ਨਹੀਂ ਜਾਣਦੇ। ਇਹ ਲੋਕ ਜੋ ਗੈਰ-ਕਾਨੂੰਨੀ ਢੰਗ ਨਾਲ ਕਮਾਏ ਪੈਸੇ ਨਾਲ ਇਕ ਵੇਲੇ ਦੇ ਭੋਜਨ ’ਤੇ 5,000 ਰੁਪਏ ਤੋਂ ਵੱਧ ਖਰਚ ਕਰਦੇ ਹਨ, ਉਹ ਇਸ ਯੋਜਨਾ ਦੀ ਕਦਰ ਨਹੀਂ ਕਰਦੇ ਪਰ ਇਹ ਉਨ੍ਹਾਂ ਲੋਕਾਂ ਲਈ ਵੱਡੀ ਵਿੱਤੀ ਸਹਾਇਤਾ ਹੈ ਜਿਨ੍ਹਾਂ ਨੂੰ ਤਿਉਹਾਰਾਂ 'ਤੇ ਵੀ ਦਿਹਾੜੀਆਂ ਕਰਨੀਆਂ ਪੈਂਦੀਆਂ ਹਨ। ਇਨ੍ਹਾਂ ਅਮੀਰ ਨੇਤਾਵਾਂ ਦੀਆਂ ਪਤਨੀਆਂ ਨੂੰ 1,000 ਰੁਪਏ ਦੀ ਲੋੜ ਨਹੀਂ ਹੈ ਕਿਉਂਕਿ ਉਹ ਮੇਕਅੱਪ 'ਤੇ ਵੱਧ ਖਰਚ ਕਰਦੀਆਂ ਹਨ।"
ਬੁਨਿਆਦੀ ਢਾਂਚੇ ਬਾਰੇ ਉਨ੍ਹਾਂ ਕਿਹਾ, “ਆਪ ਸਰਕਾਰ ਨੇ ਸੂਬੇ ਭਰ ਵਿੱਚ ਸੰਪਰਕ ਸੜਕਾਂ ਦੀ ਮੁਰੰਮਤ ਲਈ ਇੱਕ ਵੱਡਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਸੂਬੇ ਵਿੱਚ ਕੁੱਲ 43000 ਕਿਲੋਮੀਟਰ ਸੰਪਰਕ ਸੜਕਾਂ ਹਨ ਅਤੇ ਸੂਬਾ ਸਰਕਾਰ ਨੇ ਇਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਪ੍ਰਾਜੈਕਟ ਸ਼ੁਰੂ ਕੀਤਾ ਹੈ। ਇਨ੍ਹਾਂ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਇਨ੍ਹਾਂ ਦਾ ਰੱਖ-ਰਖਾਵ ਵੀ ਕੀਤਾ ਜਾਵੇਗਾ।”
ਖੇਤਰੀ ਵਿਕਾਸ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਹ ਵਿਕਾਸ ਮਿਲਣੀ ਇੱਕ ਵਿਸ਼ਾਲ ਰੈਲੀ ਵਿੱਚ ਬਦਲ ਗਈ ਹੈ। ਪੰਜਾਬ ਨੇ ਪਿਛਲੇ ਚਾਰ ਸਾਲਾਂ ਵਿੱਚ ਵੱਡਾ ਬਦਲਾਅ ਦੇਖਿਆ ਹੈ ਕਿਉਂਕਿ ਨਹਿਰੀ ਪਾਣੀ ਹੁਣ ਉਨ੍ਹਾਂ ਖੇਤਰਾਂ ਵਿੱਚ ਪਹੁੰਚ ਗਿਆ ਹੈ ਜਿੱਥੇ ਪਿਛਲੇ 50-60 ਸਾਲਾਂ ਤੋਂ ਨਹੀਂ ਸੀ ਪਹੁੰਚ ਰਿਹਾ।” ਉਨ੍ਹਾਂ ਅੱਗੇ ਕਿਹਾ, “ਇਹ ਇੱਕ ਸਰਹੱਦੀ ਖੇਤਰ ਹੈ ਜਿੱਥੇ ਡਾਕਟਰ ਜਾਂ ਅਧਿਆਪਕ ਡਿਊਟੀ ਕਰਨ ਤੋਂ ਝਿਜਕਦੇ ਹਨ, ਜਿਸ ਕਾਰਨ ਸੂਬਾ ਸਰਕਾਰ ਨੇ ਉਨ੍ਹਾਂ ਲਈ ਸਰਹੱਦੀ ਖੇਤਰਾਂ ਵਿੱਚ ਘੱਟੋ-ਘੱਟ ਦੋ ਸਾਲ ਸੇਵਾ ਨਿਭਾਉਣਾ ਲਾਜ਼ਮੀ ਕਰ ਦਿੱਤਾ ਹੈ।”
ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਅਧਿਆਪਕਾਂ ਅਤੇ ਡਾਕਟਰਾਂ ਨੂੰ ਇਸ ਸੇਵਾ ਬਦਲੇ ਤਰੱਕੀਆਂ ਲੈਣ ਦੌਰਾਨ ਵਾਧੂ ਭੱਤਾ ਅਤੇ ਵਾਧੂ ਅੰਕ ਮਿਲਣਗੇ। ਇਸ ਖੇਤਰ ਦੇ ਬੱਚੇ ਬਹੁਤ ਪ੍ਰਤਿਭਾਸ਼ਾਲੀ ਹਨ।” ਇੱਕ ਕਿੱਸਾ ਸਾਂਝਾ ਕਰਦਿਆਂ ਉਨ੍ਹਾਂ ਦੱਸਿਆ , “ਸਾਲ 2008-09 ਵਿੱਚ, ਮੈਂ ਦੋਨਾ ਨਾਨਕਾ ਪਿੰਡ ਗਿਆ ਜਿੱਥੇ ਇੱਕ ਕੁੜੀ ਨੇ 5ਵੀਂ ਜਮਾਤ ਵਿੱਚ ਪੰਜਾਬ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਉਸਦਾ ਪਰਿਵਾਰ ਅਗਲੇਰੀ ਪੜ੍ਹਾਈ ਦਾ ਖਰਚਾ ਨਹੀਂ ਚੁੱਕ ਸਕਦਾ ਸੀ, ਇਸ ਲਈ ਮੈਂ ਖਰਚਾ ਚੁੱਕਣ ਦਾ ਪ੍ਰਬੰਧ ਕੀਤਾ ਅਤੇ ਉਸਨੂੰ ਬੜੂ ਸਾਹਿਬ ਅਕੈਡਮੀ ਵਿੱਚ ਦਾਖਲ ਕਰਵਾਇਆ। ਜਦੋਂ ਵੈਟਰਨਰੀ ਡਾਕਟਰ ਨਿਯੁਕਤ ਕੀਤੇ ਗਏ ਸਨ ਤਾਂ ਉਹ ਮਿਹਨਤੀ ਲੜਕੀ ਵੀ ਉਨ੍ਹਾਂ ਵਿੱਚੋਂ ਇੱਕ ਸੀ।”
ਤਰੱਕੀ ਦੇ ਮੌਕੇ ਸਿਰਜਣ ’ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਬੱਚਿਆਂ ਵਿੱਚ ਕੋਈ ਘਾਟ ਨਹੀਂ ਹੈ, ਪਰ ਸਾਡੇ ਨੌਜਵਾਨਾਂ ਨੂੰ ਢੁਕਵੇਂ ਮੌਕਿਆਂ ਦੀ ਘਾਟ ਜ਼ਰੂਰ ਰਹੀ ਹੈ । ਇਸੇ ਲਈ ਸੂਬਾ ਸਰਕਾਰ ਹੁਣ ਇਹ ਮੌਕੇ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਪਹਿਲਾਂ ਸੁਖਬੀਰ ਬਾਦਲ ਵਰਗੇ ਆਗੂ ਇਸ ਖੇਤਰ ਦੇ ਨਾ ਸਿਰਫ਼ ਵਿਧਾਇਕ ਬਲਕਿ ਉਪ-ਮੁੱਖ ਮੰਤਰੀ ਤੱਕ ਰਹੇ ,ਪਰ ਸੁਹਿਰਦਤਾ ਨਾਲ ਕੋਈ ਕੰਮ ਨਹੀਂ ਕੀਤਾ ਗਿਆ। ਉਨ੍ਹਾਂ ਨੇ ਜਾਣਬੁੱਝ ਕੇ ਲੋਕਾਂ ਨੂੰ ਗਰੀਬ ਰੱਖਿਆ ਤਾਂ ਜੋ ਵੋਟਰ ਚੋਣਾਂ ਦੌਰਾਨ ਸਿਰਫ਼ ਛੋਟੀਆਂ-ਮੋਟੀਆਂ ਮੰਗਾਂ ਪੂਰੀ ਕਰਾਉਣ ਵਿੱਚ ਉਲਝੇ ਰਹਿਣ। ਉਨ੍ਹਾਂ ਨੇ ਇਸ ਖੇਤਰ ਨੂੰ ਸੂਬੇ ਦਾ ਅਖੀਰ ਤੇ ਪੈਂਦਾ ਇਲਾਕਾ ਸਮਝਿਆ, ਪਰ ਮੈਂ ਇਸਨੂੰ ‘ਫਰੰਟਲਾਈਨ’ ਮੰਨਦਾ ਹਾਂ।”
ਪਿਛਲੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਇਲਾਕੇ ਵਿੱਚ ਛੋਟੇ ਦੁਕਾਨਦਾਰ, ਵਪਾਰੀ ਅਤੇ ਕਿਸਾਨ ਹਨ। ਲੋਕਾਂ ਨੇ ਪਹਿਲਾਂ ਰਵਾਇਤੀ ਪਾਰਟੀਆਂ ਨੂੰ ਵੱਡੇ ਪੱਧਰ ’ਤੇ ਵੋਟ ਦਿੱਤੀ ਸੀ, ਪਰ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ। ਇਨ੍ਹਾਂ ਆਗੂਆਂ ਨੇ ਸਰੋਤਾਂ ਨੂੰ ਨਿੱਜੀ ਮੁਫਾਦਾਂ ਲਈ ਵਰਤਿਆ ਅਤੇ ਅੱਜ ਵੀ ਉਨ੍ਹਾਂ ਕੋਲ ਕੋਈ ਏਜੰਡਾ ਨਹੀਂ ਹੈ, ਸਿਰਫ਼ ਸੱਤਾ ਦੀ ਭੁੱਖ ਹੈ। ਉਹ ਇੱਕ ਦੂਜੇ ਤੋਂ ਮੂਹਰੇ ਹੋ ਕੇ ਮੈਨੂੰ ਗਾਲ੍ਹਾਂ ਕੱਢਦੇ ਹਨ।”
‘ਆਪ’ ਸਰਕਾਰੀ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਕਿਹਾ, “ਸੂਬਾ ਸਰਕਾਰ ਨੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਰਿਸ਼ਵਤ ਤੋਂ ਬਗੈਰ 65000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਬਿਹਤਰ ਸੜਕਾਂ, ਟੋਲ ਪਲਾਜ਼ੇ ਬੰਦ ਕਰਨ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ ਅਤੇ ਬੁਨਿਆਦੀ ਢਾਂਚੇ ਵਿੱਚ ਨਿਰੰਤਰ ਵਿਕਾਸ ਕੀਤਾ ਜਾ ਰਿਹਾ ਹੈ। ਲੋਕਾਂ ਦੇ ਟੈਕਸ ਦਾ ਪੈਸਾ ਪੰਜਾਬ ਦਾ ਹੈ ਅਤੇ ਅਸੀਂ ਇਸਨੂੰ ਸਮਝਦਾਰੀ ਅਤੇ ਸਲੀਕੇ ਨਾਲ ਉਨ੍ਹਾਂ ਦੀ ਭਲਾਈ ’ਤੇ ਖਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਉਨ੍ਹਾਂ ਕੋਲ ਵਾਪਸ ਆ ਰਿਹਾ ਹੈ।”
ਉਨ੍ਹਾਂ ਅੱਗੇ ਕਿਹਾ, “ਪਹਿਲਾਂ ਭ੍ਰਿਸ਼ਟਾਚਾਰ ਕਾਰਨ ਇਸ ਪੈਸੇ ਦੀ ਦੁਰਵਰਤੋਂ ਹੁੰਦੀ ਸੀ, ਪਰ ਹੁਣ ਅਸੀਂ ਲੋਕਾਂ ਅਤੇ ਰਾਜ ਦੀ ਭਲਾਈ ਲਈ ਇਨ੍ਹਾਂ ਚੋਰ-ਮੋਰੀਆਂ ਨੂੰ ਰੋਕਿਆ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਾਜ ਸਰਕਾਰ ਨੇ ਮਾਝਾ ਖੇਤਰ ਵਿੱਚ 22 ਕਿਲੋਮੀਟਰ ਲੰਬੀ ਸਰਹਾਲੀ ਨਹਿਰ ਦਾ ਪਤਾ ਲਾ ਲਿਆ ਹੈ ਜੋ ਕਿ ਜ਼ਮੀਨ ਹੇਠ ਦੱਬ ਗਈ ਸੀ। ਇਹ ਨਹਿਰ ਹੁਣ ਸੂਬਾ ਸਰਕਾਰ ਦੇ ਠੋਸ ਯਤਨਾਂ ਕਾਰਨ ਚਾਲੂ ਹੈ।"
ਸਿੰਚਾਈ ਸੁਧਾਰਾਂ ਬਾਰੇ ਉਨ੍ਹਾਂ ਕਿਹਾ, ‘‘ਭਾਖੜਾ ਨਹਿਰ ਦੀ ਸਮਰੱਥਾ 9500 ਕਿਊਸਿਕ ਹੈ, ਪਰ ਅਸੀਂ ਆਪਣੇ ਯਤਨਾਂ ਨਾਲ 10000 ਕਿਊਸਿਕ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਅਤੇ ਇਸ ਮਤਲਬ ਇਹ ਹੈ ਕਿ ਸੂਬੇ ਨੇ ਇੱਕ ਇੰਚ ਜ਼ਮੀਨ ਐਕੁਆਇਰ ਕੀਤੇ ਬਿਨਾਂ ਹੀ ਇੱਕ ਨਵੀਂ ਭਾਖੜਾ ਨਹਿਰ ਬਣਾ ਛੱਡੀ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਦਹਾਕਿਆਂ ਤੋਂ ਕਿਸਾਨ ਫਿਰੋਜ਼ਪੁਰ ਅਤੇ ਸਰਹਿੰਦ ਨਹਿਰਾਂ ਤੋਂ ਰੋਟੇਸ਼ਨ ਵਿੱਚ ਪਾਣੀ ਲੈਂਦੇ ਆ ਰਹੇ ਸਨ, ਪਰ ਪਹਿਲੀ ਵਾਰ ਇਹ ਪ੍ਰਣਾਲੀ ਖਤਮ ਹੋਈ ਹੈ, ਜਿਸ ਨਾਲ ਵੱਡੀ ਰਾਹਤ ਮਿਲੀ ਹੈ।’‘
ਧਰਤੀ ਹੇਠਲੇ ਪਾਣੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਧਰਤੀ ਹੇਠੋਂ ਪਾਣੀ ਕੱਢਣ ਦੀ ਦਰ 2022 ਵਿੱਚ 61.49 ਫੀਸਦੀ ਤੋਂ ਘਟ ਕੇ 2025 ਵਿੱਚ 31.6 ਫੀਸਦੀ ਹੋ ਗਈ ਹੈ। ਕਈ ਪਿੰਡਾਂ ਵਿੱਚ ਧਰਤੀ ਹੇਠਲਾ ਪਾਣੀ 4 ਮੀਟਰ ਤੱਕ ਰੀਚਾਰਜ ਹੋ ਗਿਆ ਹੈ, ਜੋ ਦਿਲ ਨੂੰ ਸੁਕੂਨ ਦੇਣ ਵਾਲੀ ਗੱਲ ਹੈ।’’
ਭਵਿੱਖੀ ਸਰਗਰਮੀਆਂ ਬਾਰੇ  ਉਨ੍ਹਾਂ ਕਿਹਾ, “ਇਹ ਸਭ ਇਮਾਨਦਾਰ ਸ਼ਾਸਨ ਦਾ ਨਤੀਜਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਾਡਾ ਟੀਚਾ ਪੰਜਾਬ ਭਰ ਵਿੱਚ ਜ਼ਮੀਨਦੋਜ਼ ਬਿਜਲੀ ਲਾਈਨਾਂ ਨੂੰ ਲਾਗੂ ਕਰਨਾ ਹੈ। ਇਸ ਨਾਲ ਖੇਤ ਸਾਫ਼ ਹੋਣਗੇ, ਹਾਦਸਿਆਂ ਨੂੰ ਰੋਕਿਆ ਜਾਵੇਗਾ ਅਤੇ ਬਿਹਤਰ ਸਪਲਾਈ ਯਕੀਨੀ ਬਣਾਈ ਜਾਵੇਗੀ। ਜੇਕਰ ਪਾਇਲਟ ਪ੍ਰੋਜੈਕਟ ਸਫਲ ਹੁੰਦਾ ਹੈ ਤਾਂ ਇਸਦਾ ਵਿਸਥਾਰ ਕੀਤਾ ਜਾਵੇਗਾ।”
ਆਪਣੀ ਸਰਕਾਰ ਦੀ ਪਹੁੰਚ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕ ਕਹਿੰਦੇ ਸਨ ਕਿ ਕੁਝ ਨਹੀਂ ਬਦਲੇਗਾ, ਨਾ ਨੌਕਰੀਆਂ , ਨਾ ਸੜਕਾਂ , ਨਾ ਵਿਕਾਸ , ਪਰ ਅਸੀਂ ਉਨ੍ਹਾਂ ਨੂੰ ਗਲਤ ਸਾਬਤ ਕਰ ਦਿੱਤਾ ਹੈ।”
ਇਸ ਮੌਕੇ ਕੈਬਨਿਟ ਮੰਤਰੀ, ਵਿਧਾਇਕ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

ਚੰਡੀਗੜ੍ਹ। ਚੰਡੀਗੜ੍ਹ ਵਿੱਚ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਦੌਰਾਨ, ਰਾਸ਼ਟਰੀ ਸਵੈਮ ਸੇਵਕ ਸੰਘ ਦੇ ਆਲ ਇੰਡੀਆ ਸਹਿ-ਪ੍ਰਮੋਸ਼ਨ ਮੁਖੀ ਪ੍ਰਦੀਪ ਜੋਸ਼ੀ ਨੇ ਸੰਘ ਪ੍ਰਤੀਨਿਧੀ ਸਭਾ ਨਾਲ ਸਬੰਧਤ ਮੁੱਦਿਆਂ ਅਤੇ ਪੰਜਾਬ ਵਿੱਚ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਆਰਐਸਐਸ ਰਾਜ ਵਿੱਚ 145 ਤੋਂ ਵੱਧ ਗੈਰ-ਸਰਕਾਰੀ ਸੰਗਠਨਾਂ (ਐਨਜੀਓ) ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਜ਼ੋਰਦਾਰ ਢੰਗ ਨਾਲ ਅੱਗੇ ਵਧਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਇੱਕ ਗੰਭੀਰ ਸਮਾਜਿਕ ਚੁਣੌਤੀ ਹੈ, ਅਤੇ ਇਸ ਨੂੰ ਖਤਮ ਕਰਨ ਲਈ, ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋਣਾ ਚਾਹੀਦਾ ਹੈ। ਇਸ ਉਦੇਸ਼ ਲਈ, ਸੰਘ ਨੌਜਵਾਨਾਂ ਲਈ ਜਾਗਰੂਕਤਾ ਮੁਹਿੰਮਾਂ, ਸਲਾਹ ਸੈਸ਼ਨਾਂ ਅਤੇ ਪ੍ਰੇਰਨਾਦਾਇਕ ਪ੍ਰੋਗਰਾਮਾਂ ਦਾ ਆਯੋਜਨ ਕਰ ਰਿਹਾ ਹੈ। ਇਨ੍ਹਾਂ ਮੁਹਿੰਮਾਂ ਰਾਹੀਂ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਕਾਰਾਤਮਕ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਧਰਮ ਪਰਿਵਰਤਨ ਦੇ ਮੁੱਦੇ 'ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਜਾਗਰੂਕਤਾ ਦੀ ਘਾਟ ਅਤੇ ਆਰਥਿਕ ਅਤੇ ਸਮਾਜਿਕ ਸਥਿਤੀਆਂ ਦਾ ਫਾਇਦਾ ਉਠਾਉਣ ਕਾਰਨ ਕੁਝ ਥਾਵਾਂ 'ਤੇ ਧਰਮ ਪਰਿਵਰਤਨ ਦੀਆਂ ਘਟਨਾਵਾਂ ਵਾਪਰਦੀਆਂ ਹਨ। ਸਮਾਜ ਨੂੰ ਇਸ ਮੁੱਦੇ 'ਤੇ ਸੁਚੇਤ ਰਹਿਣ ਅਤੇ ਏਕਤਾ ਬਣਾਈ ਰੱਖਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਚੁਣੌਤੀਆਂ ਦਾ ਹੱਲ ਜਾਗਰੂਕਤਾ ਅਤੇ ਗੱਲਬਾਤ ਰਾਹੀਂ ਹੀ ਸੰਭਵ ਹੈ।

ਜੋਸ਼ੀ ਨੇ ਅੱਗੇ ਦੱਸਿਆ ਕਿ ਸੰਘ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਹਿੱਸਾ ਲੈਣ ਲਈ ਸਸ਼ਕਤ ਬਣਾਉਣ ਲਈ ਕਈ ਗਤੀਵਿਧੀਆਂ ਚਲਾ ਰਿਹਾ ਹੈ। ਰੁਜ਼ਗਾਰ ਜਾਂ ਦਿਸ਼ਾ ਦੀ ਘਾਟ ਵਾਲੇ ਨੌਜਵਾਨਾਂ ਨੂੰ ਹੁਨਰ ਵਿਕਾਸ, ਸਵੈ-ਸੇਵਾ ਅਤੇ ਸਮਾਜਿਕ ਕਾਰਜਾਂ ਨਾਲ ਜੋੜਨ ਦੇ ਯਤਨ ਕੀਤੇ ਜਾ ਰਹੇ ਹਨ। ਇਹ ਨਾ ਸਿਰਫ਼ ਉਨ੍ਹਾਂ ਦੀ ਊਰਜਾ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰ ਰਿਹਾ ਹੈ ਬਲਕਿ ਸਮਾਜ ਵਿੱਚ ਸਕਾਰਾਤਮਕ ਬਦਲਾਅ ਵੀ ਲਿਆ ਰਿਹਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਜਾਗਰੂਕਤਾ ਫੈਲਾਉਣਾ ਅਤੇ ਸਮਾਜ ਵਿੱਚ ਲੋਕਾਂ ਨੂੰ ਜੋੜਨਾ ਹੈ, ਤਾਂ ਜੋ ਸਮੂਹਿਕ ਯਤਨਾਂ ਰਾਹੀਂ ਪੰਜਾਬ ਨੂੰ ਨਸ਼ਾ ਮੁਕਤ ਅਤੇ ਸਸ਼ਕਤ ਬਣਾਇਆ ਜਾ ਸਕੇ। ਪ੍ਰੋਗਰਾਮ ਦੇ ਅੰਤ ਵਿੱਚ, ਮੌਜੂਦ ਪੱਤਰਕਾਰਾਂ ਨੇ ਵੀ ਇਨ੍ਹਾਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ, ਉਨ੍ਹਾਂ ਨੂੰ ਸਮਾਜ ਲਈ ਇੱਕ ਮਹੱਤਵਪੂਰਨ ਕਦਮ ਦੱਸਿਆ। 

ਬਠਿੰਡਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵੱਡੇ ਯਤਨ ਕਰ ਰਹੀ ਹੈ ਜਿਸ ਨਾਲ ਪੰਜਾਬ ਮੁੜ ‘ਰੰਗਲੇ ਪੰਜਾਬ’ ਵੱਲ ਵਧ ਰਿਹਾ ਹੈ।
ਵਿਰਾਸਤੀ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਅਜਿਹੇ ਮੇਲੇ ਬੰਦ ਹੋ ਗਏ ਸਨ ਜਦਕਿ ਇਹ ਮੇਲੇ ਸੂਬੇ ਦੇ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਉਨ੍ਹਾਂ ਕਿਹਾ, “ਹਾਲਾਂਕਿ, ਹੁਣ ਪੰਜਾਬ ‘ਰੰਗਲੇ ਪੰਜਾਬ’ ਦੇ ਦੌਰ ਵਿੱਚ ਪ੍ਰਵੇਸ਼ ਕਰ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਹਰ ਖੇਤਰ ਵਿੱਚ ਹਰ ਰੋਜ਼ ਨਵੇਂ ਰੰਗ ਜੋੜੇ ਜਾ ਰਹੇ ਹਨ। ਪੰਜਾਬ ਕਈ ਵਾਰ ਡਿੱਗਿਆ ਹੈ, ਪਰ ਇਹ ਵਾਰ-ਵਾਰ ਉੱਠਿਆ ਵੀ ਹੈ, ਅਤੇ ਇਹ ਖੁਸ਼ੀ ਦੀ ਗੱਲ ਹੈ ਕਿ ਅੱਜ, ਰੰਗਲਾ ਪੰਜਾਬ ਦੇ ਰੰਗ ਇੱਕ ਵਾਰ ਫਿਰ ਦਿਖਾਈ ਦੇ ਰਹੇ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਹਰ ਕੀਮਤ 'ਤੇ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਸ ਦਿਸ਼ਾ ਵਿੱਚ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ, “ਵਿਰਾਸਤੀ ਮੇਲਿਆਂ ਵਿੱਚ ਗਿੱਧਾ ਤੇ ਭੰਗੜਾ ਪੰਜਾਬ ਦੀ ਰੂਹ ਦਾ ਪ੍ਰਗਟਾਵਾ ਕਰਦੇ ਹਨ। ਮੇਰੀ ਬਠਿੰਡਾ ਦੇ ਮੇਲੇ ਵਿੱਚ ਸ਼ਾਮਲ ਹੋਣ ਦੀ ਇੱਛਾ ਸੀ, ਕਿਉਂਕਿ ਇਹ ਸਾਡੇ ਬੱਚਿਆਂ ਨੂੰ ਉਨ੍ਹਾਂ ਦੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਦਾ ਵੱਡਾ ਉਪਰਾਲਾ ਹੈ।” ਨਵੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਅੱਗੇ ਕਿਹਾ, "ਪੰਜਾਬ ਵਿੱਚ ਲੋਕ-ਪੱਖੀ ਅਤੇ ਵਿਕਾਸ-ਮੁਖੀ ਯੋਜਨਾਵਾਂ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾ ਰਹੀਆਂ ਹਨ, ਕਿਉਂਕਿ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਹਿਰੀ ਪਾਣੀ  ਟੇਲਾਂ ’ਤੇ ਸਥਿਤ ਖੇਤਾਂ ਤੱਕ ਵੀ ਪਹੁੰਚ ਰਿਹਾ ਹੈ।"
ਮੁੱਖ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਰੇਤਲੇ ਟਿੱਬਿਆਂ ਤੱਕ ਵੀ ਪਾਣੀ ਪਹੁੰਚਾਇਆ ਗਿਆ ਹੈ ਜਦੋਂ ਕਿ ਪੰਜਾਬ ਦੇ ਹਰ ਕੋਨੇ ਵਿੱਚ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ 'ਤੇ ਅਪਗ੍ਰੇਡੇਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, "ਇੱਕ ਹੋਰ ਮਹੱਤਵਪੂਰਨ ਕਦਮ ਵਿੱਚ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਆਮਦਨ ਦੀਆਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ, ਅਤੇ ਹੁਣ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੀ ਇਸ ਦੇ ਅਧੀਨ ਸ਼ਾਮਲ ਕੀਤਾ ਗਿਆ ਹੈ।"  
ਸਿਹਤ ਸੰਭਾਲ ਅਤੇ ਬਿਜਲੀ ਖੇਤਰ ਦੇ ਸੁਧਾਰਾਂ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਅਤੇ 881 ਆਮ ਆਦਮੀ ਕਲੀਨਿਕ ਰੋਜ਼ਾਨਾ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ।" ਉਨ੍ਹਾਂ ਅੱਗੇ ਕਿਹਾ, "2022 ਵਿੱਚ 'ਆਪ' ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਦੇ ਲਗਭਗ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਬਿਜਲੀ ਵੀ ਦਿਨ ਵੇਲੇ ਦਿੱਤੀ ਜਾ ਰਹੀ ਹੈ।"
ਸਮਾਜਿਕ ਚੁਣੌਤੀਆਂ ਨਾਲ ਨਜਿੱਠਣ ਲਈ ਖੇਡਾਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਮੁਹਿੰਮ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸਭ ਤੋਂ ਕਾਰਗਰ ਸਾਧਨ ਹੋ ਸਕਦਾ ਹੈ ਅਤੇ ਅਸੀਂ ਇਸ ਲਈ ਕੋਈ ਕਸਰ ਨਹੀਂ ਛੱਡ ਰਹੇ ਹਾਂ। ਖੇਡਾਂ ਵਿੱਚ ਸ਼ਾਮਲ ਨੌਜਵਾਨਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਵੀ ਸਮਾਂ ਨਹੀਂ ਹੁੰਦਾ ਕਿਉਂਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਬੁੰਲਦੀ ਛੂਹਣ 'ਤੇ ਧਿਆਨ ਦਿੰਦੇ ਹਨ।” ਉਨ੍ਹਾਂ ਅੱਗੇ ਕਿਹਾ, “ਖੇਡਾਂ ਵਤਨ ਪੰਜਾਬ ਦੀਆਂ ਹਰ ਸਾਲ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਦੀਆਂ ਹਨ।”
ਉਨ੍ਹਾਂ ਅੱਗੇ ਕਿਹਾ, “ਖੇਡਾਂ ਵਤਨ ਪੰਜਾਬ ਦੀਆਂ ਬਠਿੰਡਾ ਵਿੱਚ ਵੀ ਕਰਵਾਈਆਂ ਗਈਆਂ ਸਨ ਅਤੇ ਇਹ ਖੁਸ਼ੀ ਦੀ ਗੱਲ ਹੈ ਕਿ ਤਿੰਨ-ਤਿੰਨ ਪੀੜ੍ਹੀਆਂ ਨੇ ਇਕੱਠੇ ਹਿੱਸਾ ਲਿਆ। ‘ਆਪ’ ਸਰਕਾਰ ਨਵੇਂ ਖੇਡ ਮੈਦਾਨ ਬਣਾ ਰਹੀ ਹੈ ਤਾਂ ਜੋ ਨੌਜਵਾਨ ਨਸ਼ਿਆਂ ਅਤੇ ਹੋਰ ਬੁਰਾਈਆਂ ਤੋਂ ਦੂਰ ਰਹਿਣ। ਇਨ੍ਹਾਂ ਖੇਡਾਂ ਨੇ ਸਾਨੂੰ ਖਿਡਾਰੀਆਂ ਦੀਆਂ ਸ਼ਕਤੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਮਦਦ ਕੀਤੀ ਹੈ, ਜੋ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਮਾਗਮਾਂ ਲਈ ਤਿਆਰ ਕਰਨ ਵਿੱਚ ਮਦਦ ਕਰੇਗੀ।”
ਨਸ਼ਿਆਂ ਵਿਰੁੱਧ ਮੁਹਿੰਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਵੱਡੀ ਮੁਹਿੰਮ ਹੈ। ਇਹ ਸੂਬੇ ਵਿੱਚ ਨਸ਼ਿਆਂ ਦੇ ਨੈੱਟਵਰਕ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ। ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ, ਪੀੜ੍ਹੀਆਂ ਨੂੰ ਬਰਬਾਦ ਕੀਤਾ, ਪਰ ਪੰਜਾਬ ਸਰਕਾਰ ਨੇ ਸਪਲਾਈ ਲਾਈਨ ਤੋੜ ਕੇ ਅਤੇ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਪਾ ਕੇ ਇਸ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।” ਉਨ੍ਹਾਂ ਅੱਗੇ ਕਿਹਾ, “ਪਹਿਲੀ ਵਾਰ ਨਸ਼ਾ ਤਸਕਰਾਂ ਦੁਆਰਾ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਢਾਹਿਆ ਜਾਂ ਜ਼ਬਤ ਕੀਤਾ ਗਿਆ। ਲੋਕਾਂ ਦੇ ਸਹਿਯੋਦ ਨਾਲ ਇਹ ਲੜਾਈ ਲੋਕ ਲਹਿਰ ਬਣ ਗਈ ਹੈ।”
ਸਰਕਾਰ ਦੀ ਵਚਨਬੱਧਤਾ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ, “ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਨੂੰ ਵਿਕਾਸ ਦੇ ਰਾਹ 'ਤੇ ਅੱਗੇ ਵਧਾਉਣਾ ਬਹੁਤ ਜ਼ਰੂਰੀ ਹੈ। ਸੱਤਾ ਵਿੱਚ ਆਉਣ ਦੇ ਪਹਿਲੇ ਦਿਨ ਤੋਂ ਹੀ, ਸਾਡੀ ਸਰਕਾਰ ਨੇ ਸੰਪੂਰਨ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ 'ਤੇ ਧਿਆਨ ਕੇਂਦਰਿਤ ਕੀਤਾ ਹੈ। ਹਰ ਖੇਤਰ ਨੂੰ ਵੱਡਾ ਹੁਲਾਰਾ ਦੇਣ ਲਈ ਵਿਸ਼ੇਸ਼ ਯੋਜਨਾ ਤਿਆਰ ਕਰਕੇ ਲਾਗੂ ਕੀਤੀ ਗਈ ਹੈ ਕਿਉਂਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਲੋੜ ਸੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਨ੍ਹਾਂ ਮੇਲਿਆਂ ਦੌਰਾਨ ਲੋਕਾਂ ਦਾ ਉਤਸ਼ਾਹ ਦੱਸਦਾ ਹੈ ਕਿ ਪੰਜਾਬ ਸਰਕਾਰ ਆਪਣੇ ਮਿਸ਼ਨ ਵਿੱਚ ਸਫਲ ਹੋ ਗਈ ਹੈ। ਲੋਕਾਂ ਦੇ ਸਰਗਰਮ ਸਹਿਯੋਗ ਨਾਲ  ਅਸੀਂ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ। ਇਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਮਹਾਨ ਨਾਇਕਾਂ ਨੂੰ ਸੱਚੀ ਅਤੇ ਨਿਮਰ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਦੇਸ਼ ਅਤੇ ਇਸਦੇ ਲੋਕਾਂ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।”

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਦੇਸ਼ ਭਰ ਚੋਂ ਮੋਹਰੀ ਸੂਬਾ ਬਣ ਕੇ ਉਭਰਿਆ ਹੈ। ਪੰਜਾਬ ਦੇ ਬਾਗਬਾਨੀ ਵਿਭਾਗ ਦੁਆਰਾ ਅੱਜ ਚੰਡੀਗੜ੍ਹ ਵਿਖੇ ਆਯੋਜਿਤ ਰਾਜ ਪੱਧਰੀ ਏਆਈਐਫ ਸੰਮੇਲਨ ਅਤੇ ਸਨਮਾਨ ਸਮਾਗ਼ਮ ਵਿੱਚ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਏ.ਆਈ.ਐਫ. ਤਹਿਤ ਪ੍ਰੋਜੈਕਟਾਂ ਦੀ ਸਭ ਤੋਂ ਵੱਧ ਗਿਣਤੀ ਵਿੱਚ ਪੰਜਾਬ ਦੇਸ਼ ਭਰ ਵਿੱਚ ਪਹਿਲੇ ਸਥਾਨ ‘ਤੇ ਹੈ। ਉਨ੍ਹਾ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ ਫਰਵਰੀ-2026 ਤੱਕ 32,823 ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ, ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7,597 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਹਨ ਅਤੇ 7,132 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਗਏ ਹਨ।

ਉਨ੍ਹਾ ਦੱਸਿਆ ਕਿ ਇਸ ਯੋਜਨਾ ਤਹਿਤ ਸਭ ਤੋਂ ਵੱਧ ਪ੍ਰੋਜੈਕਟ ਮਨਜ਼ੂਰ ਕਰਾਉਣ ਵਾਲੇ ਦੇਸ਼ ਦੇ ਉੱਪਰਲੇ ਜ਼ਿਲ੍ਹਿਆਂ ਵਿੱਚੋਂ 8 ਜ਼ਿਲ੍ਹੇ ਪੰਜਾਬ ਦੇ ਹਨ।  ਇਨ੍ਹਾਂ ਵਿੱਚ ਲੁਧਿਆਣਾ (3,650 ਪ੍ਰੋਜੈਕਟ), ਸੰਗਰੂਰ (3,155), ਬਠਿੰਡਾ (3,049), ਪਟਿਆਲਾ (2,970), ਫਾਜ਼ਿਲਕਾ (2,844), ਸ੍ਰੀ ਮੁਕਤਸਰ ਸਾਹਿਬ (2,246), ਮੋਗਾ (1,758) ਅਤੇ ਫਿਰੋਜ਼ਪੁਰ (1,680) ਸ਼ਾਮਲ ਹਨ।  

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ, ਜੀਕਾ, ਦੀ ਸਹਾਇਤਾ ਨਾਲ ਲਗਭਗ 1300 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ ਜੋ ਕਿ ਅਗਲੇ 10 ਸਾਲਾਂ ਦੌਰਾਨ ਸੁਰੂ ਕੀਤੇ ਜਾਣਗੇ ।

ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਨੇ ਸਤੰਬਰ 2024 ਅਤੇ ਜਨਵਰੀ 2026 ਵਿੱਚ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਰਾਜ ਵਜੋਂ ਵੱਜੋਂ ਪੁਰਸਕਾਰ ਹਾਸਲ ਕੀਤੇ ਹਨ। ਇਸ ਸਮਾਗਮ ਦੌਰਾਨ ਸਫਲਤਾ ਦੀਆਂ ਕਹਾਣੀਆਂ 'ਤੇ ਇੱਕ ਕਿਤਾਬਚਾ ਜਾਰੀ ਕੀਤਾ ਗਿਆ।

ਇਸ ਤੋਂ ਪਹਿਲਾਂ ਬਾਗਬਾਨੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਬਾਗਬਾਨੀ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵੱਲੋਂ ਵੀ ਇਸ ਸਕੀਮ ਨਾਲ ਸੰਬੰਧਿਤ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਇਹ ਆਈਐਫ ਸਕੀਮ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਲਈ ਵੱਖ ਵੱਖ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਡਿਪਟੀ ਡਾਇਰੈਕਟਰ ਬਾਗਬਾਨੀ, ਲੀਡ ਜ਼ਿਲ੍ਹਾ ਮੈਨੇਜਰ ਅਤੇ ਜ਼ਿਲ੍ਹਾ ਵਿਕਾਸ ਮੈਨੇਜਰ ਨਾਬਾਰਡ ਨੂੰ ਪੁਰਸਕਾਰ ਦੇਖੇ ਸਨਮਾਨਿਤ ਕੀਤਾ ਗਿਆ ।

ਇਸ ਤੋਂ ਇਲਾਵਾ ਸਟੇਟ ਬੈਂਕ ਆਫ਼ ਇੰਡੀਆ ਨੂੰ ਇਸਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ, ਉਸ ਤੋਂ ਬਾਅਦ ਬੈਂਕ ਆਫ਼ ਇੰਡੀਆ, ਪੰਜਾਬ ਨੈਸ਼ਨਲ ਬੈਂਕ, ਯੂਨੀਅਨ ਬੈਂਕ ਆਫ਼ ਇੰਡੀਆ, ਪੰਜਾਬ ਗ੍ਰਾਮੀਣ ਬੈਂਕ ਅਤੇ ਐਚਡੀਐਫਸੀ ਬੈਂਕ ਸ਼ਾਮਿਲ ਹਨ।

ਇਸ ਸਮਾਗਮ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਬੈਂਕਿੰਗ ਅਤੇ ਕਰਜ਼ਾ ਦੇਣ ਵਾਲੀਆਂ ਵੱਖ ਵੱਖ ਸੰਸਥਾਵਾਂ ਦੇ ਰਾਜ ਪੱਧਰੀ ਨੁਮਾਇੰਦੇ, ਕਿਸਾਨ ਅਤੇ ਵਿਭਾਗ ਹੋਰ ਅਧਿਕਾਰੀ ਮੌਜੂਦ ਸਨ।

ਖਹਿਰਾ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ
ਕਪੂਰਥਲਾ/ਬਿਊਰੋ ਨਿਊਜ਼  
ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਅਤੇ ਆਪਣੇ ਪਰਿਵਾਰ ’ਤੇ ਲੱਗੇ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕਰਨ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਸ਼ੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਸਾਂਝਾ ਕਰਦਿਆਂ ਖਹਿਰਾ ਨੇ ਇਨ੍ਹਾਂ ਇਲਜ਼ਾਮਾਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ। ਸੁਖਪਾਲ ਖਹਿਰਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਪਰਿਵਾਰ ਨੇ ਪੰਚਾਇਤ  ਦੀ ਇਕ ਇੰਚ ਜ਼ਮੀਨ ’ਤੇ ਵੀ ਕਬਜ਼ਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਇਲਜ਼ਾਮ ਇਕ ਅਜਿਹੇ ਵਿਅਕਤੀ ਵਲੋਂ ਲਗਾਏ ਜਾ ਰਹੇ ਹਨ, ਜਿਸ ਦੀ ਚੋਣਾਂ ਦੌਰਾਨ ਜ਼ਮਾਨਤ ਵੀ ਜ਼ਬਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੇ ਝੂਠੇ ਬੰਦੇ ਨੂੰ ਸਿੱਧਾ ਜਵਾਬ ਦੇਣਾ ਜ਼ਰੂਰੀ ਨਹੀਂ ਸਮਝਦੇ, ਇਸ ਲਈ ਉਹ ਸੋਸ਼ਲ ਮੀਡੀਆ ਰਾਹੀਂ ਜਨਤਾ ਨਾਲ ਆਪਣਾ ਪੱਖ ਸਾਂਝਾ ਕਰ ਰਹੇ ਹਨ। ਖਹਿਰਾ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਪਿਤਾ, ਉਹ ਖੁਦ ਅਤੇ ਉਨ੍ਹਾਂ ਦਾ ਪੁੱਤਰ ਮਹਿਤਾਬ ਸਿੰਘ ਆਪਣੇ ਪਰਿਵਾਰ ਦੇ ਇਕੱਲੇ ਵਾਰਸ ਹਨ। ਖਹਿਰਾ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਵੀ ਚੁੱਕੇ ਹਨ।

ਮੰਡੀ ਗੋਬਿੰਦਗੜ੍ਹ: ਦੇਸ਼ ਭਗਤ ਯੂਨੀਵਰਸਿਟੀ ਦੇ ਐਲਾਈਡ ਅਤੇ ਹੈਲਥਕੇਅਰ ਸਾਇੰਸਜ਼ ਫੈਕਲਟੀ ਵੱਲੋਂ ਮਾਈਕ੍ਰੋਬਾਇਓਲੋਜੀ ਸੋਸਾਇਟੀ ਆਫ ਇੰਡੀਆ ਦੀ ਸਰਪ੍ਰਸਤੀ ਹੇਠ ਅਤੇ ਦੇਹਰਾਦੂਨ ਸਥਿਤ ਸੈਂਟਰ ਫਾਰ ਰਿਸਰਚ ਐਂਡ ਇਨੋਵੇਟਿਵ ਸਾਇੰਟਿਫਿਕ ਸਟਡੀਜ਼ (CRIS) ਦੇ ਸਹਿਯੋਗ ਨਾਲ “ਐਡਵਾਂਸਡ ਕਲੀਨੀਕਲ ਡਾਇਗਨੋਸਟਿਕਸ ਅਤੇ ਹੈਲਥਕੇਅਰ ਸਾਇੰਸਜ਼ – 2026” ਵਿਸ਼ੇ ‘ਤੇ ਤਿੰਨ ਰੋਜ਼ਾ ਵਿਸ਼ਵ ਕਾਂਗਰਸ ਕਰਵਾਈ।

ਇਸ ਦਾ ਉਦਘਾਟਨ ਚਾਂਸਲਰ ਡਾ. ਜੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਵੱਲੋਂ ਕੀਤਾ ਗਿਆ। ਇਸ ਮੌਕੇ ‘ਤੇ ਇੱਕ ਅੰਤਰਰਾਸ਼ਟਰੀ ਪੱਧਰ ‘ਤੇ ਸਮਰੂਪ ਅਕਾਦਮਿਕ ਮੰਚ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦੇਸ਼ ਹੈਲਥਕੇਅਰ ਸਾਇੰਸਜ਼ ਵਿੱਚ ਨਵਚੇਤਨਾ ਅਤੇ ਅੰਤਰ-ਵਿਭਾਗੀ ਉਤਕ੍ਰਿਸ਼ਟਤਾ ਨੂੰ ਉਤਸ਼ਾਹਿਤ ਕਰਨਾ ਹੈ।

ਇਸ ਸਮਾਗਮ ਵਿੱਚ ਮਾਲਿਕਿਊਲਰ ਡਾਇਗਨੋਸਟਿਕਸ ਵਿੱਚ ਅਗੇਤਰੀ ਹੱਥ-ਅਭਿਆਸ ਪ੍ਰਸ਼ਿਕਸ਼ਣ ਦੇ ਨਾਲ ਵਿਗਿਆਨਕ ਮੌਖਿਕ ਅਤੇ ਪੋਸਟਰ ਪ੍ਰਸਤੁਤੀਆਂ ਕਰਵਾਈਆਂ ਗਈਆਂ, ਜਿਸ ਨਾਲ ਵਿਦਿਆਰਥੀਆਂ ਨੂੰ ਰਿਸਰਚ ਵਿਧੀਆਂ ਬਾਰੇ ਮਹੱਤਵਪੂਰਨ ਅਨੁਭਵ ਪ੍ਰਾਪਤ ਹੋਇਆ। ਖਾਸ ਤੌਰ ‘ਤੇ ਕਾਰਡੀਓਪਲਮੋਨਰੀ ਰੀਸਸਿਟੇਸ਼ਨ (CPR) ਵਰਗੀਆਂ ਜੀਵਨ-ਬਚਾਉਂਦੀਆਂ ਕੁਸ਼ਲਤਾਵਾਂ ਦੀ ਸਿਖਲਾਈ, ਕੈਂਸਰ ਜਾਗਰੂਕਤਾ ਮੁਹਿੰਮਾਂ ਅਤੇ ਮਾਸਪੇਸ਼ੀ-ਹੱਡੀ ਸੰਬੰਧੀ ਬਿਮਾਰੀਆਂ ਤੋਂ ਬਚਾਅ ਲਈ ਐਰਗੋਨਾਮਿਕਸ ਅਤੇ ਸਹੀ ਸ਼ਰੀਰਕ  ‘ਤੇ ਆਧਾਰਿਤ ਵਰਕਸ਼ਾਪ ‘ਤੇ ਜ਼ੋਰ ਦਿੱਤਾ ਗਿਆ।

ਇਸ ਕਾਂਗਰਸ ਦਾ ਇੱਕ ਮੁੱਖ ਆਕਰਸ਼ਣ ਮਾਈਕ੍ਰੋਬਾਇਓਲੋਜੀ ਸੋਸਾਇਟੀ ਆਫ ਇੰਡੀਆ ਦੇ ਅਧੀਨ ਆਯੋਜਿਤ ਰਾਸ਼ਟਰੀ ਉਤਕ੍ਰਿਸ਼ਟਤਾ ਪੁਰਸਕਾਰ ਸਮਾਰੋਹ ਰਿਹਾ। ਇਸ ਦੌਰਾਨ ਪ੍ਰਸਿੱਧ ਅਕਾਦਮਿਕ ਵਿਅਕਤੀਆਂ ਨੂੰ ਉਨ੍ਹਾਂ ਦੇ ਖੋਜ ਕੰਮ, ਸਿੱਖਿਅਕ ਉਪਲਬਧੀਆਂ ਅਤੇ ਪੇਸ਼ੇਵਰ ਯੋਗਦਾਨ ਦੇ ਸਖਤ ਮੁਲਾਂਕਣ ਤੋਂ ਬਾਅਦ ਸਨਮਾਨਿਤ ਕੀਤਾ ਗਿਆ, ਜਿਸ ਨਾਲ ਵਿਗਿਆਨਕ ਮਾਨਤਾ ਵਿੱਚ ਯੋਗਤਾ-ਅਧਾਰਿਤ ਗਲੋਬਲ ਮਿਆਰਾਂ ਨੂੰ ਮਜ਼ਬੂਤੀ ਮਿਲੀ।

ਇਸ ਕਾਂਗਰਸ ਦੌਰਾਨ ਦੇਹਰਾਦੂਨ ਸਥਿਤ CRIS DNA ਲੈਬਜ਼ ਨਾਲ ਇਕ ਸਮਝੌਤਾ ਪੱਤਰ (MoU) ‘ਤੇ ਦਸਤਖ਼ਤ ਵੀ ਕੀਤੇ ਗਏ। ਇਸ ਮੌਕੇ ‘ਤੇ ਡਾ. ਨਰੋਤਮ ਸ਼ਰਮਾ, ਡਾ. ਅੰਕਿਤਾ, ਡਾ. ਹੀਨਾ ਰੁਹੇਲਾ ਅਤੇ ਵਿਪਿਨ ਨੌਟਿਆਲ ਸਮੇਤ ਕਈ ਪ੍ਰਤੀਨਿਧੀ ਮੌਜੂਦ ਸਨ। ਇਸ ਸਹਿਯੋਗ ਦਾ ਮਕਸਦ ਅਕਾਦਮਿਕ ਅਤੇ ਉਦਯੋਗਿਕ ਸਬੰਧਾਂ ਨੂੰ ਮਜ਼ਬੂਤ ਕਰਨਾ ਅਤੇ ਮਾਲਿਕਿਊਲਰ ਡਾਇਗਨੋਸਟਿਕਸ ਵਿੱਚ ਕੁਸ਼ਲਤਾ-ਅਧਾਰਿਤ ਸਿਖਲਾਈ ਨੂੰ ਵਧਾਉਣਾ ਸੀ।

ਸਮਾਪਤੀ ਸਮਾਰੋਹ ਦੌਰਾਨ ਪ੍ਰੋ-ਚਾਂਸਲਰ ਡਾ ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ ਹਰਸ਼ ਸਦਾਵਰਤੀ ਦੀ ਹਾਜ਼ਰੀ ਵਿੱਚ ਮੌਖਿਕ ਅਤੇ ਪੋਸਟਰ ਪ੍ਰਸਤੁਤੀਆਂ ਦੇ ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟ ਦਿੱਤੇ ਗਏ। ਵਰਕਸ਼ਾਪ ਵਿੱਚ ਸ਼ਾਮਲ ਭਾਗੀਦਾਰਾਂ ਅਤੇ ਹੋਰ ਹਾਜ਼ਰੀਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਐਲਾਈਡ ਅਤੇ ਹੈਲਥਕੇਅਰ ਸਾਇੰਸਜ਼ ਫੈਕਲਟੀ ਨੂੰ ‘ਫੈਕਲਟੀ ਐਕਸੀਲੈਂਸ ਅਵਾਰਡ’ ਨਾਲ ਨਵਾਜਿਆ ਗਿਆ, ਜੋ ਯੂਨੀਵਰਸਿਟੀ ਦੀ ਗੁਣਵੱਤਾ ਭਰੀ ਸਿੱਖਿਆ ਅਤੇ ਰਿਸਰਚ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਪ੍ਰੋਗਰਾਮ ਦੀ ਸਮਾਪਤੀ ਡਾ. ਆਰਤੀ ਠਾਕੁਰ, ਪ੍ਰਸ਼ਾਸਕੀ ਇੰਚਾਰਜ, ਐਲਾਈਡ ਅਤੇ ਹੈਲਥਕੇਅਰ ਸਾਇੰਸਜ਼ ਫੈਕਲਟੀ, ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਧੰਨਵਾਦ ਪ੍ਰਸਤਾਵ ਨਾਲ ਕੀਤਾ ਗਿਆ। ਉਨ੍ਹਾਂ ਨੇ ਸਾਰੇ ਮਹਿਮਾਨਾਂ, ਸਹਿਯੋਗੀਆਂ, ਭਾਗੀਦਾਰਾਂ ਅਤੇ ਆਯੋਜਕ ਟੀਮ ਦਾ ਧੰਨਵਾਦ ਕਰਦਿਆਂ ਕਾਂਗਰਸ ਦੀ ਸਫਲਤਾ ਲਈ ਆਭਾਰ ਪ੍ਰਗਟਾਇਆ।

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਸਣੇ ਉਤਰੀ ਭਾਰਤ ਦੇ ਕੁਝ ਹਿੱਸਿਆਂ ਵਿਚ ਦੋ ਦਿਨਾਂ ਤੋਂ ਰੁਕ-ਰੁਕ ਕੇ ਪਏ ਮੀਂਹ ਅਤੇ ਤੇਜ਼ ਹਵਾਵਾਂ ਨੇ ਮੌਸਮ ਵਿਚ ਫਿਰ ਤੋਂ ਠੰਡਕ ਲਿਆਂਦੀ ਹੈ। ਇਸ ਮੀਂਹ ਦੇ ਚੱਲਦਿਆਂ ਤਾਪਮਾਨ ਵਿਚ 5 ਤੋਂ 8 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੀਂਹ ਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀਆਂ ਕਈ ਫਸਲਾਂ ਦਾ ਵੀ ਨੁਕਸਾਨ ਕਰ ਦਿੱਤਾ ਹੈ। ਇਸ ਸਮੇਂ ਪੰਜਾਬ ਤੇ ਹਰਿਆਣਾ ਵਿਚ ਕਣਕ ਦੀ ਫਸਲ ਪੱਕਣ ਦੇ ਨੇੜੇ ਪਹੁੰਚ ਚੁੱਕੀ ਹੈ ਅਤੇ ਅਜਿਹੇ ਸਮੇਂ ਦੌਰਾਨ ਮੀਂਹ ਅਤੇ ਤੇਜ਼ ਹਵਾਵਾਂ ਫਸਲਾਂ ਲਈ ਨੁਕਸਾਨਦਾਇਕ ਸਾਬਤ ਹੋ ਸਕਦੀਆਂ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਹੋਰ ਕਈ ਖੇਤਰਾਂ ਵਿਚ ਭਾਰੀ ਮੀਂਹ ਪਿਆ ਹੈ। ਮੌਸਮ ਵਿਭਾਗ ਵਲੋਂ ਅਜੇ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

*ਚੰਡੀਗੜ੍ਹ/ਕਾਠਗੜ੍ਹ (ਐਸ.ਬੀ.ਐਸ. ਨਗਰ) : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ ਗਾਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਅਣਦੇਖੀ ਦਾ ਸ਼ਿਕਾਰ ਰਹੇ ਕੰਢੀ ਇਲਾਕੇ ਵਿੱਚ ਮਾਨ ਸਰਕਾਰ ਨੇ ਸਿੰਚਾਈ ਖੇਤਰ ਵਿੱਚ ਵੱਡੀ ਪ੍ਰਾਪਤੀ ਦਰਜ ਕੀਤੀ ਹੈ ਅਤੇ ਨੀਮ-ਪਹਾੜੀ ਇਲਾਕੇ ਨੂੰ ਖੇਤੀਯੋਗ ਮੌਕਿਆਂ ਵਿੱਚ ਤਬਦੀਲ ਕਰ ਦਿੱਤਾ ਹੈ।

ਮਾਨ ਸਰਕਾਰ ਨੇ 214 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕਾਠਗੜ੍ਹ ਲਿਫਟ ਸਿੰਚਾਈ ਯੋਜਨਾ ਰਾਹੀਂ ਪਹਿਲੀ ਵਾਰ ਨਹਿਰੀ ਪਾਣੀ ਨੂੰ ਉੱਚੇ ਇਲਾਕਿਆਂ ਤੱਕ ਪਹੁੰਚਾਇਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਿਸਾਨ-ਹਿਤੈਸ਼ੀ ਨੀਤੀਆਂ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਪਾਣੀ ਦੀ ਵਰਤੋਂ ਵਧੀਆ ਢੰਗ ਨਾਲ ਹੋਵੇਗੀ, ਵੱਡੇ ਪੱਧਰ ‘ਤੇ ਢਾਂਚਾਗਤ ਨਿਵੇਸ਼ ਹੋਵੇਗਾ ਅਤੇ ਕਿਸਾਨਾਂ ਨੂੰ ਰਾਹਤ ਦੇਣ ਸਣੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਆਰਥਿਕ ਪੱਧਰ 'ਤੇ ਬਦਲਾਅ ਲਿਆਉਣ ਵਾਲੀ ਦੂਰਦਰਸ਼ੀ ਸੋਚ ਨੂੰ ਮਜ਼ਬੂਤੀ ਮਿਲੀ ਹੈ।

ਇਸ ਇਤਿਹਾਸਕ ਕਦਮ ਤਹਿਤ ਬਰਿੰਦਰ ਕੁਮਾਰ ਗੋਇਲ ਨੇ ਅੱਜ 214 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਕਾਠਗੜ੍ਹ ਲਿਫਟ ਸਿੰਚਾਈ ਯੋਜਨਾ ਦਾ ਉਦਘਾਟਨ ਕੀਤਾ। ਇਸ ਯੋਜਨਾ ਨਾਲ ਪਹਿਲੀ ਵਾਰ ਨਹਿਰੀ ਪਾਣੀ ਨੂੰ ਉੱਚੇ ਖੇਤਰਾਂ ਵਿੱਚ ਸਫ਼ਲਤਾਪੂਰਵਕ ਪਹੁੰਚਾਇਆ ਗਿਆ ਹੈ, ਜਿਸ ਨਾਲ ਕੰਢੀ ਇਲਾਕੇ ਦੀ ਸੁੱਕੀ ਅਤੇ ਮੀਂਹ ‘ਤੇ ਨਿਰਭਰ ਜ਼ਮੀਨ ਨੂੰ ਯਕੀਨਨ ਸਿੰਚਾਈ ਸਹੂਲਤਾਂ ਮਿਲਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਲਗਭਗ 33 ਪਿੰਡਾਂ ਦੀ 11,500 ਏਕੜ ਜ਼ਮੀਨ ਨੂੰ ਸਿੰਚਾਈ ਸਹੂਲਤ ਮਿਲੇਗੀ, ਜਿਸ ਨਾਲ ਖੇਤੀਬਾੜੀ ਉਤਪਾਦਕਤਾ ਵਿੱਚ ਵਾਧਾ ਹੋਵੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਇਜ਼ਾਫ਼ਾ ਹੋਵੇਗਾ। ਇਹ ਪਹਿਲ ਖੇਤਰ ਦੀ ਖੇਤੀਬਾੜੀ ਤਸਵੀਰ ਨੂੰ ਬਦਲਣ ਵਿੱਚ ਮੀਲ ਪੱਥਰ ਸਾਬਤ ਹੋਵੇਗੀ ਅਤੇ ਕਿਸਾਨਾਂ ਨੂੰ ਵਧੀਆ ਫ਼ਸਲਾਂ ਉਗਾਉਣ ਦੇ ਨਾਲ-ਨਾਲ ਜ਼ਮੀਨ ਦੀ ਕੀਮਤ ਵਧਾਉਣ ਵਿੱਚ ਮਦਦ ਕਰੇਗੀ।

ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਕੰਢੀ ਨਹਿਰ ਸਿਸਟਮ ਅਤੇ ਬਿਸਤ-ਦੁਆਬ ਪ੍ਰਣਾਲੀ ਰਾਹੀਂ , ਉਚਾਈ ਕਾਰਨ ਸਿੰਜਾਈ ਤੋਂ ਵਾਂਝੇ ਰਹਿ ਗਏ ਖੇਤਰਾਂ ਨੂੰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹ ਇਕ ਇਤਿਹਾਸਿਕ ਉਪਰਾਲਾ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਇਸ ਖੇਤਰ ਨੂੰ ਬਹੁਤ ਲਾਭ ਹੋਵੇਗਾ ਅਤੇ ਧਰਤੀ ਹੇਠਲੇ ਪਾਣੀ ’ਤੇ ਦਬਾਅ ਵੀ ਘਟੇਗਾ।"

ਇਸ ਪ੍ਰਾਜੈਕਟ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਤਿੰਨ ਪੜਾਵਾਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ, "67 ਕਰੋੜ ਰੁਪਏ ਦੀ ਲਾਗਤ ਵਾਲਾ ਪਹਿਲਾ ਪੜਾਅ ਫਰਵਰੀ 2026 ਵਿੱਚ ਮੁਕੰਮਲ ਹੋ ਚੁੱਕਾ ਹੈ ਜਿਸ ਤਹਿਤ 13 ਪਿੰਡਾਂ ਦੇ 4,000 ਏਕੜ ਰਕਬੇ ਨੂੰ ਕਵਰ ਕੀਤਾ ਗਿਆ ਹੈ। 107 ਕਰੋੜ ਰੁਪਏ ਦੀ ਲਾਗਤ ਵਾਲੇ ਦੂਜਾ ਪੜਾਅ ਦੇ ਸਤੰਬਰ 2026 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ ਜਿਸ ਤਹਿਤ 14 ਪਿੰਡਾਂ ਦੇ 5,500 ਏਕੜ ਰਕਬੇ ਨੂੰ ਕਵਰ ਕੀਤਾ ਜਾਵੇਗਾ ਜਦੋਂ ਕਿ 40 ਕਰੋੜ ਦੀ ਲਾਗਤ ਵਾਲੇ ਤੀਜੇ ਪੜਾਅ ਨਾਲ 6 ਪਿੰਡਾਂ ਵਿੱਚ 2,000 ਏਕੜ ਰਕਬੇ ਲਈ ਸਿੰਚਾਈ ਯਕੀਨੀ ਬਣਾਏਗੀ ਜਾਵੇਗੀ।" ਉਨ੍ਹਾਂ ਕਿਹਾ ਕਿ ਬਿਜਲੀ ਦੇ ਬੋਝ ਨੂੰ ਘੱਟ ਕਰਨ ਲਈ 650 ਕਿਲੋਵਾਟ ਦਾ ਸੋਲਰ ਪਲਾਂਟ ਵੀ ਲਗਾਇਆ ਗਿਆ ਹੈ।

ਤਕਨੀਕੀ ਪਹਿਲੂਆਂ ਨੂੰ ਉਜਾਗਰ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸ ਸਕੀਮ ਨੂੰ ਬਿਸਤ ਦੁਆਬ ਨਹਿਰ ਨਾਲ ਜੋੜਿਆ ਗਿਆ ਹੈ ਜਿਸ ਦੀ ਡਿਸਚਾਰਜ ਸਮਰੱਥਾ 67 ਕਿਊਸਿਕ ਹੈ। ਇਸ ਤਹਿਤ ਪੰਪਾਂ ਰਾਹੀਂ ਪਾਣੀ ਉਪਰ ਚੁੱਕਿਆ ਜਾਵੇਗਾ ਅਤੇ ਉੱਚ-ਨੀਵੇਂ ਅਤੇ ਅਰਧ-ਪਹਾੜੀ ਖੇਤੀਬਾੜੀਯੋਗ ਖੇਤਰਾਂ ਵਿੱਚ ਇੱਕ ਵਿਸ਼ਾਲ ਪਾਈਪਲਾਈਨ ਨੈਟਵਰਕ ਰਾਹੀਂ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਪ ਹਾਊਸ ਲਈ ਵਿਭਾਗ ਦੀ ਮੌਜੂਦਾ ਜ਼ਮੀਨ ਦੀ ਵਰਤੋਂ ਕੀਤੀ ਗਈ ਸੀ ਜਿਸ ਨਾਲ ਜ਼ਮੀਨ ਪ੍ਰਾਪਤੀ ਦੀ ਜ਼ਰੂਰਤ ਨਹੀਂ ਸੀ।

ਇਸ ਪ੍ਰਾਜੈਕਟ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਅੱਗੇ ਕਿਹਾ, "ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਕਮੀ ਅਤੇ ਟਿਊਬਵੈੱਲਾਂ ਬੰਦ ਹੋਣ ਕਾਰਨ ਕੰਢੀ ਖੇਤਰ ਦੇ ਕਿਸਾਨਾਂ ਨੂੰ ਬਾਰਿਸ਼ 'ਤੇ ਬਹੁਤ ਜ਼ਿਆਦਾ ਨਿਰਭਰ ਕਰਨਾ ਪੈਂਦਾ ਸੀ, ਜਿਸ ਕਾਰਨ ਫਸਲੀ ਵਿਭਿੰਨਤਾ ਅਤੇ ਉਤਪਾਦਕਤਾ ਸੀਮਤ ਰਹਿ ਗਈ ਸੀ। ਅਰਧ-ਪਹਾੜੀ ਇਲਾਕਾ ਹੋਣ ਕਰਕੇ, ਰਵਾਇਤੀ ਨਹਿਰੀ ਪ੍ਰਣਾਲੀਆਂ ਪਹਿਲਾਂ ਸੰਭਵ ਨਹੀਂ ਸਨ, ਜਿਸ ਕਾਰਨ ਜ਼ਮੀਨ ਦੀਆਂ ਕੀਮਤਾਂ ਵੀ ਘੱਟ ਸਨ। ਇਸ ਪ੍ਰਾਜੈਕਟ ਨੂੰ ਡਿਜ਼ਾਈਨ ਕਰਨ ਲਈ ਉੱਨਤ ਸੈਟੇਲਾਈਟ ਅਤੇ ਡਰੋਨ ਸਰਵੇਖਣ ਕੀਤੇ ਗਏ ਅਤੇ ਆਈ.ਆਈ.ਟੀ ਰੁੜਕੀ ਅਤੇ ਆਈ.ਆਈ.ਟੀ ਰੋਪੜ ਵਿਖੇ ਤਕਨੀਕੀ ਸਟਾਫ ਨੂੰ ਸਿਖਲਾਈ ਦਿੱਤੀ ਗਈ, ਜਿਸ ਤੋਂ ਬਾਅਦ ਇਸ ਨੂੰ ਛੇ ਮਹੀਨਿਆਂ ਅੰਦਰ ਜੰਗੀ ਪੱਧਰ ‘ਤੇ ਲਾਗੂ ਕੀਤਾ ਗਿਆ।"

ਉਨ੍ਹਾਂ ਅੱਗੇ ਕਿਹਾ, "ਇਸ ਪ੍ਰਾਜੈਕਟ ਤੋਂ ਪਹਿਲਾਂ ਬਲਾਚੌਰ ਹਲਕੇ ਦੇ 72 ਪਿੰਡਾਂ ਵਿੱਚ 28,205 ਏਕੜ ‘ਤੇ ਸਿੰਚਾਈ ਦੀ ਸਹੂਲਤ ਉਪਲਬਧ ਸੀ। ਇਸ ਯੋਜਨਾ ਦੇ ਮੁਕੰਮਲ ਹੋਣ ਨਾਲ ਸਿੰਚਾਈ ਦਾ ਦਾਇਰਾ 105 ਪਿੰਡਾਂ ਵਿੱਚ 39,705 ਏਕੜ ਤੱਕ ਪਹੁੰਚ ਜਾਵੇਗਾ। ਉਨ੍ਹਾਂ ਦੱਸਿਆ ਕਿ ਸੁਚੱਜੇ ਢੰਗ ਨਾਲ ਖੇਤਾਂ ਤੱਕ ਪਾਣੀ ਪਹੁੰਚਣ ਲਈ ਲਗਭਗ 94,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬੇ ਨੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਿਰਵਿਘਨ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਹੁਣ ਤੱਕ 6700 ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਕਿਹਾ, ‘‘ਪਹਿਲਾਂ ਸਿੰਚਾਈ ਲਈ ਸਿਰਫ਼ 22 ਫੀਸਦੀ ਪਾਣੀ ਦੀ ਵਰਤੋਂ ਕੀਤੀ ਜਾਂਦੀ ਸੀ ਪਰ ਮਾਨ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਨਹਿਰੀ ਪਾਣੀ ਵਰਤੋਂ ਹੁਣ ਵਧ ਕੇ 78 ਫ਼ੀਸਦੀ ਹੋ ਗਈ ਹੈ। ਨਹਿਰਾਂ ਦੀ ਮਜ਼ਬੂਤੀ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ, ਬਿਜਲੀ ਦੀ ਖਪਤ ਵਿੱਚ ਕਮੀ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਇਆ ਹੈ।”

ਕੰਢੀ ਨਹਿਰ ਬਾਰੇ ਵੇਰਵੇ ਸਾਂਝੇ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਨਹਿਰ ਤਲਵਾੜਾ ਤੋਂ ਬਲਾਚੌਰ ਤੱਕ ਲੰਘਦੀ ਹੈ , ਇਸ ਦੀ ਕੁੱਲ ਲੰਬਾਈ 129.035 ਕਿਲੋਮੀਟਰ ਅਤੇ ਡਿਸਚਾਰਜ ਸਮਰੱਥਾ 463 ਕਿਊਸਿਕ ਹੈ। 1980 ਵਿੱਚ ਸ਼ੁਰੂ ਹੋਣ ਦੇ ਬਾਵਜੂਦ ਪਾਣੀ ਪਹਿਲਾਂ ਟੇਲ-ਐਂਡਾਂ ਤੱਕ ਨਹੀਂ ਪਹੁੰਚਦਾ ਸੀ। ’ਆਪ’ ਸਰਕਾਰ ਨੇ ਪਾਣੀ ਦੇ ਨਿਰੰਤਰ ਪ੍ਰਵਾਹ ਨੂੰ ਯਕੀਨੀ ਬਣਾਇਆ, 1500 ਕਿਲੋਮੀਟਰ ਪੁਰਾਣੀਆਂ ਪਾਈਪਲਾਈਨਾਂ ਨੂੰ ਬਹਾਲ ਕੀਤਾ, 300 ਕਿਲੋਮੀਟਰ ਨਵੀਆਂ ਪਾਈਪਲਾਈਨਾਂ ਵਿਛਾਈਆਂ ਅਤੇ 120 ਕਿਲੋਮੀਟਰ ਨਹਿਰਾਂ ਅਤੇ ਖਾਲਿਆਂ ਨੂੰ ਰੀਲਾਈਨ ਕੀਤਾ, ਜਿਸ ਨਾਲ ਤਿੰਨ ਦਹਾਕਿਆਂ ਬਾਅਦ 12 ਬਲਾਕਾਂ ਦੀ 128740 ਏਕੜ ਜ਼ਮੀਨ ਨੂੰ ਲਾਭ ਹੋਇਆ।

ਲੋਕ-ਭਲਾਈ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ,‘‘ਭਗਵੰਤ ਮਾਨ ਸਰਕਾਰ ਵੱਲੋਂ 10 ਲੱਖ ਰੁਪਏ ਤੱਕ ਦੇ ਬੀਮਾ ਕਵਰ ਦੇ ਨਾਲ ਮੁਫਤ ਤੇ ਮਿਆਰੀ ਸਿਹਤ ਸੰਭਾਲ ਅਤੇ ਘਰਾਂ ਨੂੰ 600 ਯੂਨਿਟ ਮੁਫਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ। ਲੋਕਾਂ ਨੂੰ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਬਿਨਾਂ ਕਿਸੇ ਭੇਦਭਾਵ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।’’

ਇਸ ਮੌਕੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ, ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ, ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ ਅਤੇ ਕਈ ਹੋਰ ਪਤਵੰਤੇ ਸ਼ਾਮਲ ਸਨ।

ਸੀਐਮ ਭਗਵੰਤ ਮਾਨ ਨੇ ਲੁਧਿਆਣਾ ’ਚ ਸਟੀਲ ਪਲਾਂਟ ਦਾ ਕੀਤਾ ਉਦਘਾਟਨ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਾਟਾ ਸਟੀਲ ਦੇ ਅਤਿ ਆਧੂਨਿਕ ‘ਈਕੋ ਫਰੈਂਡਲੀ ਸਟੀਲ ਪਲਾਂਟ’ ਦਾ ਉਦਘਾਟਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਟਾਟਾ ਦੇ ਚੇਅਰਮੈਨ ਨੇ ਮੰਤਰੀ ਸੰਜੀਵ ਅਰੋੜਾ ਨੂੰ ਦੱਸਿਆ ਕਿ ਹਲਵਾਰਾ ਤੋਂ ਅਗਲੇ ਹਫਤੇ ਦਿੱਲੀ ਦੇ ਲਈ ਫਲਾਈਟਾਂ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਜਾਵੇਗੀ। ਟਾਟਾ ਸਟੀਲ ਨੇ ਪਲਾਂਟ ’ਤੇ 3200 ਕਰੋੜ ਰੁਪਏ ਇਨਵੈਸਟ ਕੀਤੇ ਹਨ ਅਤੇ ਇਸ ਵਿਚ 2500 ਤੋਂ ਜ਼ਿਆਦਾ ਵਿਅਕਤੀਆਂ ਨੂੰ ਸਿੱਧੇ ਤੌਰ ’ਤੇ ਰੋਜ਼ਗਾਰ ਮਿਲੇਗਾ। ਟਾਟਾ ਸਟੀਲ ਦਾ ਭਾਰਤ ਵਿਚ ਇਹ ਦੂਜਾ ਰੀਸਾਈਕਲ ਵੇਸਟ ਗਰੀਨ ਸਟੀਲ ਪਲਾਂਟ ਹੋਵੇਗਾ। ਟਾਟਾ ਸਟੀਲ ਇਸ ਤਰ੍ਹਾਂ ਦੀ ਸਕਰੈਪ ਅਧਾਰਿਤ ਤਕਨੀਕ ਨੂੰ ਭਾਰਤ ਅਤੇ ਵਿਦੇਸ਼ਾਂ ਵਿਚ ਵੀ ਉਤਸ਼ਾਹਿਤ ਕਰ ਰਿਹਾ ਹੈ। ਦੱਸਿਆ ਗਿਆ ਹੈ ਕਿ ਲੁਧਿਆਣਾ ਦੀ ਹਾਈਟੈਕ ਵੈਲੀ ਵਿਚ ਕਰੀਬ 115 ਏਕੜ ਜ਼ਮੀਨ ’ਤੇ ਇਹ ਪਲਾਂਟ ਸਥਾਪਿਤ ਕੀਤਾ ਗਿਆ ਹੈ।

ਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਪੂਰਥਲਾ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਦਾ ਐਲਾਨ ਕੀਤਾ। ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਤੋਂ ਬਾਅਦ ਇਸ ਮਹੀਨੇ ਐਲਾਨ ਕੀਤਾ ਜਾਣ ਵਾਲਾ ਇਹ ਦੂਜਾ ਅਜਿਹਾ ਸੰਸਥਾਨ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਦੇ ਰੂਪ ਵਿੱਚ ਇਹ ਨਵੀਂ ਸਹੂਲਤ ਕਪੂਰਥਲਾ ਦੇ ਮੌਜੂਦਾ ਜ਼ਿਲ੍ਹਾ ਹਸਪਤਾਲ ਕੰਪਲੈਕਸ ਵਿੱਚ ਬਣਾਈ ਜਾਵੇਗੀ।

ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਟੈਂਡਰਿੰਗ ਪ੍ਰਕਿਰਿਆ ਸਮੇਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋ ਗਈਆਂ ਹਨ ਅਤੇ ਕਾਰਜਕਾਰੀ ਏਜੰਸੀਆਂ ਨੂੰ ਕੰਮ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਸਾਰੀ 25 ਮਾਰਚ, 2026 ਨੂੰ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਮਾਰਚ 2028 ਤੱਕ 24 ਮਹੀਨਿਆਂ ਦੇ ਅੰਦਰ-ਅੰਦਰ ਪੂਰੀ ਕਰਨ ਦਾ ਟੀਚਾ ਹੈ।”

ਉਨ੍ਹਾਂ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ, “275 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਸਥਾਪਿਤ ਕੀਤੇ ਜਾਣ ਵਾਲੇ ਇਸ ਪ੍ਰਾਜੈਕਟ ਵਿੱਚ 300 ਬਿਸਤਰਿਆਂ ਵਾਲਾ ਹਸਪਤਾਲ ਅਤੇ ਇੱਕ ਮੈਡੀਕਲ ਕਾਲਜ ਹੋਵੇਗਾ,ਜਿਸ ਵਿੱਚ ਸਾਲਾਨਾ ਐਮ.ਬੀ.ਬੀ.ਐਸ. ਲਈ 100 ਸੀਟਾਂ ਹੋਣਗੀਆਂ, ਜਿਸ ਨਾਲ ਨਾ ਕੇਵਲ ਸੂਬੇ ਦੀ ਮੈਡੀਕਲ ਸਿੱਖਿਆ ਸਮਰੱਥਾ ਵਿੱਚ ਵਾਧਾ ਹੋਵੇਗਾ ਸਗੋਂ ਪੰਜਾਬ ਦੇ ਵਿਦਿਆਰਥੀਆਂ ਨੂੰ ਡਾਕਟਰੀ ਦੀ ਮਹਿੰਗੀ ਪੜ੍ਹਾਈ ਲਈ ਵਿਦੇਸ਼ਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।”

ਇਸ ਪੇਸ਼ਕਦਮੀ ਦੇ ਸਾਕਾਰਤਮਕ ਪ੍ਰਭਾਵਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ, “ਇੱਕ ਵਾਰ ਚਾਲੂ ਹੋਣ ਤੋਂ ਬਾਅਦ, ਸੰਸਥਾ ਨਾ ਸਿਰਫ਼ 100 ਐਮ.ਬੀ.ਬੀ.ਐਸ. ਸੀਟਾਂ ਵਿੱਚ ਵਾਧਾ ਕਰੇਗੀ , ਸਗੋਂ ਖੇਤਰ ਦੇ ਲੋਕਾਂ ਨੂੰ ਅਤਿ-ਆਧੁਨਿਕ ਸੈਕੰਡਰੀ ਅਤੇ ਟਰਸ਼ਰੀ ਸਿਹਤ ਸੇਵਾਵਾਂ ਵੀ ਪ੍ਰਦਾਨ ਕਰੇਗੀ। ਇਹ ਸੰਸਥਾ ਰੁਜ਼ਗਾਰ ਦਾ ਇੱਕ ਵੱਡਾ ਸਰੋਤ ਹੋਵੇਗੀ, ਜਿਸ ਨਾਲ 1000 ਤੋਂ ਵੱਧ ਲੋਕਾਂ ਨੂੰ ਸਿੱਧੇ ਤੌਰ ’ਤੇ ਲਾਭ ਹੋਵੇਗਾ ਅਤੇ ਬਹੁਤਾਂ ਨੂੰ ਅਸਿੱਧੇ ਤੌਰ ’ਤੇ ਰੁਜ਼ਗਾਰ ਮਿਲੇਗਾ।”

ਸਿਹਤ ਸੰਭਾਲ ਦੇ ਖੇਤਰ ਵਿੱਚ ਹੋਰ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਕਿਹਾ,“ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ, ਸੁਲਤਾਨਪੁਰ ਲੋਧੀ ਦੇ ਸਰਕਾਰੀ ਹਸਪਤਾਲ ਨੂੰ ਸ਼ਹਿਰੀ ਕੇਂਦਰ ਵਜੋਂ ਅਪਗ੍ਰੇਡ ਕੀਤਾ ਜਾਵੇਗਾ ਅਤੇ ਬੇਗੋਵਾਲ ਦੇ ਸਰਕਾਰੀ ਹਸਪਤਾਲ ਨੂੰ ਪੇਂਡੂ ਕੇਂਦਰ ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਦੋਵੇਂ ਕਪੂਰਥਲਾ ਦੇ ਨਵੇਂ ਮੈਡੀਕਲ ਕਾਲਜ ਨਾਲ ਜੁੜਕੇ ਕੰਮ ਕਰਨਗੇ।”

5 ਲੱਖ ਵਰਗ ਫੁੱਟ ਤੋਂ ਵੱਧ ਦੇ ਖੇਤਰ ਵਿੱਚ ਸਥਾਪਿਤ ਕੀਤੇ ਜਾਣ ਵਾਲੇ ਇਸ ਪ੍ਰਾਜੈਕਟ ਵਿੱਚ ਛੇ ਵੱਡੇ ਆਪ੍ਰੇਸ਼ਨ ਥੀਏਟਰ, 500 ਦੀ ਸਮਰੱਥਾ ਵਾਲਾ ਆਡੀਟੋਰੀਅਮ, ਐਮਆਰਆਈ ਅਤੇ ਸੀਟੀ ਸਕੈਨ ਵਰਗੀਆਂ ਉੱਨਤ ਡਾਇਗਨੌਸਟਿਕ ਸਹੂਲਤਾਂ, ਇੱਕ ਕੇਂਦਰੀ ਲੈਬਾਰਿਟਰੀ, ਇੱਕ ਬਲੱਡ ਬੈਂਕ ਅਤੇ ਹੁਨਰ ਲੈਬਾਂ ਅਤੇ ਅਜਾਇਬ ਘਰਾਂ ਨਾਲ ਲੈਸ ਆਧੁਨਿਕ ਸਿੱਖਿਆ ਵਿਭਾਗ ਸ਼ਾਮਲ ਹੋਣਗੇ।

ਸਿਹਤ ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਅਤੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਪ੍ਰਬੰਧ ਨਿਰਦੇਸ਼ਕ ਅਮਿਤ ਤਲਵਾੜ ਵੀ ਮੌਜੂਦ ਸਨ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.