Wednesday, 22 April 2026

‘ਟਟੀਹਰੀ’ ਗੀਤ ਨੂੰ ਲੈ ਕੇ ਹੋਇਆ ਹੈ ਵਿਵਾਦ
ਚੰਡੀਗੜ੍ਹ/ਬਿਊਰੋ ਨਿਊਜ਼
ਰੈਪਰ ਤੇ ਗਾਇਕ ਬਾਦਸ਼ਾਹ ਨੂੰ ‘ਟਟੀਹਰੀ’ ਗੀਤ ਨੂੰ ਲੈ ਕੇ ਪੈਦਾ ਹੋਏ ਵਿਵਾਦ ਵਿਚਾਲੇ ਰਾਹਤ ਮਿਲ ਗਈ ਹੈ। ਬਾਦਸ਼ਾਹ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਆਪਣੀ ਗਿ੍ਰਫਤਾਰੀ ਖਿਲਾਫ ਪਟੀਸ਼ਨ ਪਾਈ ਸੀ। ਜਿਸ ਉਤੇ ਫੈਸਲਾ ਕਰਦਿਆਂ ਹਾਈਕੋਰਟ ਨੇ ਬਾਦਸ਼ਾਹ ਦੀ ਗਿ੍ਰਫਤਾਰੀ ਉਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਰੈਪਰ ਤੇ ਗਾਇਕ ਬਾਦਸ਼ਾਹ ਖਿਲਾਫ ‘ਟਟੀਹਰੀ’ ਗੀਤ ਦੇ ਵਿਵਾਦਤ ਬੋਲਾਂ ਨੂੰ ਲੈ ਕੇ ਹਰਿਆਣਾ ਵਿਚ ਦੋ ਮਾਮਲੇ ਦਰਜ ਹਨ। ਪੁਲਿਸ ਹੁਣ ਉਸ ਖਿਲਾਫ ਜਾਰੀ ਲੁਕ ਆਊਟ ਨੋਟਿਸ ਨੂੰ ਵੀ ਵਾਪਸ ਲਵੇਗੀ। ਬਾਦਸ਼ਾਹ ਦੇ ਟਟੀਟਰੀ ਗਾਣੇ ਦੇ ਬੋਲਾਂ ਵਿਚ ਅਸ਼ਲੀਲਤਾ ਨੂੰ ਲੈ ਕੇ ਹਰਿਆਣਾ ਮਹਿਲਾ ਕਮਿਸ਼ਨ ਨੇ ਸਖਤ ਨੋਟਿਸ ਲਿਆ ਸੀ ਅਤੇ ਉਸਦੀ ਗਿ੍ਰਫਤਾਰੀ ਨੂੰ ਲੈ ਕੇ ਪੰਚਕੂਲਾ ਦੇ ਐਸ.ਐਸ.ਪੀ. ਨੂੰ ਹੁਕਮ ਕੀਤੇ ਸਨ।

ਚੰਡੀਗੜ੍ਹ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਹੇਠ MGSIPA, ਸੈਕਟਰ-26, ਚੰਡੀਗੜ੍ਹ ਵਿਖੇ ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ-ਅਧਾਰਤ ਉਦਯੋਗਾਂ ਦੀਆਂ ਸੰਭਾਵਨਾਵਾਂ ਬਾਰੇ ਇੱਕ ਮਹੱਤਵਪੂਰਨ ਸੈਮੀਨਾਰ ਆਯੋਜਿਤ ਕੀਤਾ ਗਿਆ। ਇਹ ਸੈਮੀਨਾਰ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਆਯੋਜਿਤ ਕੀਤਾ ਗਿਆ ਸੀ। ਕੈਨੇਡਾ ਦੇ ਓਨਟਾਰੀਓ ਸੂਬੇ ਤੋਂ ਛੋਟੇ ਕਾਰੋਬਾਰਾਂ ਦੀ ਐਸੋਸੀਏਟ ਮੰਤਰੀ ਸ਼੍ਰੀਮਤੀ ਨੀਨਾ ਟਾਂਗਰੀ ਅਤੇ ਪੰਜਾਬ ਦੇ ਫੂਡ ਪ੍ਰੋਸੈਸਿੰਗ, ਖੇਤੀਬਾੜੀ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਲਈ ਕੈਬਨਿਟ ਮੰਤਰੀ ਸ਼੍ਰੀਮਤੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਕੱਠ ਨੂੰ ਸੰਬੋਧਨ ਕਰਦਿਆਂ, ਸ਼੍ਰੀਮਤੀ ਨੀਨਾ ਟਾਂਗਰੀ ਨੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਦੇ ਖੇਤਰਾਂ ਵਿੱਚ ਪੰਜਾਬ ਦੀ ਅਥਾਹ ਸੰਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ, ਫੂਡ ਪ੍ਰੋਸੈਸਿੰਗ ਅਤੇ ਤਕਨਾਲੋਜੀ ਵਿੱਚ ਪੰਜਾਬ ਅਤੇ ਕੈਨੇਡਾ ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗਿਆਨ, ਤਕਨਾਲੋਜੀ ਅਤੇ ਨਿਵੇਸ਼ ਦੇ ਆਦਾਨ-ਪ੍ਰਦਾਨ ਨਾਲ ਦੋਵਾਂ ਖੇਤਰਾਂ ਦੇ ਕਿਸਾਨਾਂ ਅਤੇ ਉਦਯੋਗਾਂ ਨੂੰ ਬਹੁਤ ਲਾਭ ਹੋਵੇਗਾ।

ਇਸ ਮੌਕੇ ਬੋਲਦਿਆਂ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਫੂਡ ਪ੍ਰੋਸੈਸਿੰਗ ਦੇ ਵਿਸਥਾਰ ਨਾਲ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਧੇਗੀ ਸਗੋਂ ਪੰਜਾਬ ਦੇ ਖੇਤੀਬਾੜੀ ਉਤਪਾਦਾਂ ਨੂੰ ਵਿਸ਼ਵ ਮੰਡੀਆਂ ਵਿੱਚ ਲਿਜਾਣ ਲਈ ਨਵੇਂ ਮੌਕੇ ਵੀ ਪੈਦਾ ਹੋਣਗੇ।

ਇਸ ਮੌਕੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਕਿਉਂਕਿ ਇਹ ਖੇਤੀਬਾੜੀ ਉਪਜ ਵਿੱਚ ਮੁੱਲ ਵਾਧਾ ਕਰੇਗਾ ਅਤੇ ਕਿਸਾਨਾਂ ਨੂੰ ਬਿਹਤਰ ਆਰਥਿਕ ਲਾਭ ਪ੍ਰਦਾਨ ਕਰੇਗਾ।

ਸੈਮੀਨਾਰ ਦੌਰਾਨ, ਕਈ ਮਾਹਿਰਾਂ ਅਤੇ ਵੱਖ-ਵੱਖ ਖੇਤਰਾਂ ਅਤੇ ਉਦਯੋਗਾਂ ਦੇ ਪ੍ਰਤੀਨਿਧੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸ਼੍ਰੀ ਐਨ. ਐਸ. ਬਰਾੜ, ਚੇਅਰਮੈਨ, ਪੈਗਰੋ ਫਰੋਜ਼ਨ ਫੂਡਜ਼, ਜੋ ਕਿ ਸਭ ਤੋਂ ਪ੍ਰਮੁੱਖ ਬੁਲਾਰਿਆਂ ਵਿੱਚੋਂ ਇੱਕ ਸਨ, ਨੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਆਪਣੀ ਪ੍ਰੇਰਨਾਦਾਇਕ ਉੱਦਮੀ ਯਾਤਰਾ ਸਾਂਝੀ ਕੀਤੀ। ਉਨ੍ਹਾਂ ਨੇ ਪੰਜਾਬ ਵਿੱਚ ਸਭ ਤੋਂ ਸਫਲ ਫੂਡ ਪ੍ਰੋਸੈਸਿੰਗ ਉੱਦਮਾਂ ਵਿੱਚੋਂ ਇੱਕ ਬਣਾਉਣ ਵਿੱਚ ਆਪਣੇ ਸੰਘਰਸ਼ ਅਤੇ ਦ੍ਰਿੜਤਾ ਬਾਰੇ ਗੱਲ ਕੀਤੀ। ਉੱਚ-ਗੁਣਵੱਤਾ ਵਾਲੀਆਂ ਸਬਜ਼ੀਆਂ ਅਤੇ ਫਲਾਂ ਦੇ ਉਤਪਾਦਨ ਵਿੱਚ ਪੰਜਾਬ ਦੀ ਤਾਕਤ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਮਾਣ ਨਾਲ ਸਾਂਝਾ ਕੀਤਾ ਕਿ ਉਨ੍ਹਾਂ ਨੇ ਮੈਕਡੋਨਲਡਜ਼ ਨੂੰ 40 ਮੀਟ੍ਰਿਕ ਟਨ ਫ੍ਰੋਜ਼ਨ ਸਬਜ਼ੀਆਂ ਸਪਲਾਈ ਕਰਕੇ ਆਪਣੀ ਯਾਤਰਾ ਸ਼ੁਰੂ ਕੀਤੀ ਸੀ, ਜੋ ਹੁਣ 10,000 ਮੀਟ੍ਰਿਕ ਟਨ ਤੋਂ ਵੱਧ ਪ੍ਰੋਸੈਸਡ ਉਤਪਾਦਾਂ ਤੱਕ ਵਧ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਅੱਜ ਜਾਪਾਨ, ਇੰਡੋਨੇਸ਼ੀਆ, ਫਿਲੀਪੀਨਜ਼, ਕੈਨੇਡਾ ਅਤੇ ਸਿੰਗਾਪੁਰ ਸਮੇਤ ਕਈ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਫ੍ਰੋਜ਼ਨ ਫੂਡ ਉਤਪਾਦਾਂ ਦਾ ਨਿਰਯਾਤ ਕਰਦੀ ਹੈ।

ਡਾ. ਨਰਪਿੰਦਰਪਾਲ ਸਿੰਘ, ਵਾਈਸ ਚਾਂਸਲਰ, ਗ੍ਰਾਫਿਕ ਏਰਾ ਯੂਨੀਵਰਸਿਟੀ, ਦੇਹਰਾਦੂਨ, ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੂਡ ਟੈਕਨਾਲੋਜੀ ਦੇ ਸਾਬਕਾ ਮੁਖੀ ਅਤੇ ਡਾਇਰੈਕਟਰ ਰਿਸਰਚ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੈਮੀਨਾਰ ਨੂੰ ਸੰਬੋਧਨ ਕੀਤਾ ਅਤੇ ਫੂਡ ਟੈਕਨਾਲੋਜੀ ਅਤੇ ਖੋਜ ਵਿੱਚ ਨਵੀਨਤਾਵਾਂ 'ਤੇ ਚਾਨਣਾ ਪਾਇਆ।

ਉਨ੍ਹਾਂ ਤੋਂ ਇਲਾਵਾ, ਸ਼੍ਰੀ ਮੰਗਲ ਸਿੰਘ ਬੱਸੀ, ਚੇਅਰਮੈਨ ਐਗਰੋ, ਸ਼੍ਰੀ ਅਰੁਣ ਗਰੋਵਰ, ਚੇਅਰਮੈਨ ਅਮਰ ਟੈਕਸ ਗਰੁੱਪ, ਸ਼੍ਰੀਮਤੀ ਪਵਿੱਤਰ ਕੌਰ, ਸਲਾਹਕਾਰ, ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰਾਲਾ, ਭਾਰਤ ਸਰਕਾਰ, ਸ਼੍ਰੀ ਇੰਦਰਦੀਪ ਸਿੰਘ ਚੀਮਾ, ਚੇਅਰਮੈਨ ਈਸਟ ਵੁੱਡ ਵਿਲੇਜ, ਕੈਪਟਨ ਵਿਕਰਮ ਬਾਜਵਾ, ਸਾਬਕਾ ਸੀਜੀਐਮ ਆਰਬੀਆਈ, ਸ਼੍ਰੀ ਐਮ. ਐਸ. ਔਜਲਾ, ਸਾਬਕਾ ਡਾਇਰੈਕਟਰ ਟਾਊਨ ਪਲਾਨਿੰਗ, ਅਤੇ ਸ਼੍ਰੀ ਜਸਵਿੰਦਰ ਸਿੰਘ, ਪ੍ਰਿੰਸੀਪਲ ਖਾਲਸਾ ਕਾਲਜ ਨੇ ਵੀ ਸੈਮੀਨਾਰ ਦੇ ਸੰਦਰਭ ਵਿੱਚ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ।

ਸ਼੍ਰੀ ਵਿਜੇ ਦੱਤ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ, ਜਿਨ੍ਹਾਂ ਨੇ ਪ੍ਰੋਗਰਾਮ ਦੀ ਕਾਰਵਾਈ ਚਲਾਈ, ਨੇ ਕਿਹਾ ਕਿ ਅਜਿਹੇ ਸੈਮੀਨਾਰ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ-ਅਧਾਰਤ ਉਦਯੋਗਾਂ ਨੂੰ ਨਵੀਂ ਦਿਸ਼ਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਅੰਤਰਰਾਸ਼ਟਰੀ ਸਹਿਯੋਗ ਨੂੰ ਵੀ ਮਜ਼ਬੂਤ ਕਰਦੇ ਹਨ।

ਅੰਤ ਵਿੱਚ, ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਨੇ ਧੰਨਵਾਦ ਮਤਾ ਪੇਸ਼ ਕੀਤਾ।

ਇਸ ਮੌਕੇ 'ਤੇ, ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਮੈਂਬਰ ਸਕੱਤਰ ਸ਼੍ਰੀਮਤੀ ਕਨੂ ਥਿੰਦ ਨੇ ਸ਼੍ਰੀਮਤੀ ਨੀਨਾ ਟਾਂਗਰੀ ਨੂੰ ਪੰਜਾਬ ਦੀ ਰਵਾਇਤੀ ਫੁਲਕਾਰੀ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਦੇ ਪਤੀ ਸ਼੍ਰੀ ਅਸ਼ਵਨੀ ਟਾਂਗਰੀ ਅਤੇ ਸ਼੍ਰੀ ਸੁਦੀਪ ਸਿੰਗਲਾ ਵੀ ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਕਿਹਾ : ਸੀਐਮ ਨੂੰ 6 ਮਹੀਨੇ ਬਾਅਦ ਲੱਭੇ 13 ਹਜ਼ਾਰ ਕਰੋੜ ਰੁਪਏ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਐਸ.ਡੀ.ਐਮ.ਐਫ. ਫੰਡ ਦਾ ਮਾਮਲਾ ਇਕ ਵਾਰ ਫਿਰ ਚਰਚਾ ਵਿਚ ਆ ਗਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਪ੍ਰੈਸ ਕਰਨਫਰੰਸ ਦੌਰਾਨ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹੁਣ ਖੁਦ ਮੰਨ ਰਹੇ ਹਨ ਕਿ ਕੇਂਦਰ ਸਰਕਾਰ ਵਲੋਂ 13 ਹਜ਼ਾਰ ਕਰੋੜ ਰੁਪਏ ਪੰਜਾਬ ਨੂੰ ਦਿੱਤੇ ਗਏ ਸਨ, ਪਰ ਪਹਿਲਾਂ ਦੀਆਂ ਸਰਕਾਰਾਂ ਨੇ ਉਨ੍ਹਾਂ ਦੀ ਦੁਰਵਰਤੋਂ ਕਰ ਲਈ ਸੀ ਅਤੇ ਅਸੀਂ ਹੁਣ ਉਸ ਨੂੰ ਸਹੀ ਪਾਸੇ ਵਰਤ ਰਹੇ ਹਾਂ। ਜਾਖੜ ਨੇ ਮੁੱਖ ਮੰਤਰੀ ਮਾਨ ਦੀ ਇਕ ਵੀਡੀਓ ਵੀ ਸਾਂਝੀ ਕੀਤੀ ਹੈ, ਜਿਸ ਵਿਚ ਉਹ ਇਹ ਗੱਲ ਆਖ ਰਹੇ ਹਨ। ਸੁਨੀਲ ਜਾਖੜ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹਾਂ ਦੌਰਾਨ ਪੰਜਾਬ ਆ ਕੇ ਗਏ ਸਨ, ਉਸ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਲੋਂ ਲਗਾਤਾਰ ਇਹ ਗੱਲ ਆਖੀ ਜਾ ਰਹੀ ਸੀ ਕਿ ਸਾਨੂੰ ਕੋਈ ਪੈਸਾ ਆਇਆ ਹੀ ਨਹੀਂ ਅਤੇ ਹੁਣ ਭਗਵੰਤ ਮਾਨ 13 ਹਜ਼ਾਰ ਕਰੋੜ ਰੁਪਏ ਦੀ ਗੱਲ ਮੰਨ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਤੰਬਰ ਮਹੀਨੇ ਪੰਜਾਬ ਆਏ ਸਨ ਅਤੇ ਮੁੱਖ ਮੰਤਰੀ ਮਾਨ ਨੂੰ 13 ਹਜ਼ਾਰ ਕਰੋੜ ਰੁਪਏ ਲੱਭਣ ਲਈ 6 ਮਹੀਨੇ ਲੱਗ ਗਏ।

*ਸੰਕਟ ਦੀ ਘੜੀ ਵਿੱਚ ਔਰਤਾਂ ਲਈ ਇੱਕ ਛੱਤ ਹੇਠ ਇਕਰੂਪ ਸਹਾਇਤਾ ਪ੍ਰਣਾਲੀ*

*ਔਰਤਾਂ ਦੀ ਸੁਰੱਖਿਆ ਅਤੇ ਮਾਨ-ਸਨਮਾਨ ਪੰਜਾਬ ਸਰਕਾਰ ਦੀ  ਪ੍ਰਮੁੱਖ ਤਰਜੀਹ*

ਚੰਡੀਗੜ੍ਹ, 18 ਮਾਰਚ:


ਔਰਤਾਂ ਦੀ ਸੁਰੱਖਿਆ ਅਤੇ ਮਾਨ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਿੰਸਾ ਅਤੇ ਸੰਕਟ ਦਾ ਸਾਹਮਣਾ ਕਰ ਰਹੀਆਂ ਔਰਤਾਂ ਲਈ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਸਤੇ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਇਨ੍ਹਾਂ ਯਤਨਾਂ ਦੇ ਤਹਿਤ ਵਿੱਤੀ ਸਾਲ 2022–23 ਤੋਂ 2025–26 ਤੱਕ ਰਾਜ ਭਰ ਵਿੱਚ ਸਥਾਪਿਤ ਵਨ ਸਟਾਪ ਸੈਂਟਰਾਂ ਰਾਹੀਂ ਕੁੱਲ 17,651 ਔਰਤਾਂ ਨੂੰ ਮੁਫ਼ਤ ਅਤੇ ਇਕਰੂਪ ਸਹਾਇਤਾ ਪ੍ਰਦਾਨ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿੱਚ ਸੰਕਟਗ੍ਰਸਤ ਔਰਤਾਂ ਨੂੰ ਇੱਕ ਹੀ ਥਾਂ ਤੇ ਤੁਰੰਤ ਅਤੇ ਸੰਯੁਕਤ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਨ੍ਹਾਂ ਸੇਵਾਵਾਂ ਵਿੱਚ ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਪੁਲਿਸ ਸਹਾਇਤਾ, ਕੌਂਸਲਿੰਗ, ਅਸਥਾਈ ਰਹਿਣ ਦੀ ਸਹੂਲਤ ਅਤੇ ਭੋਜਨ ਸ਼ਾਮਲ ਹਨ।

ਸਾਲ-ਵਾਰ ਅੰਕੜੇ ਸਾਂਝੇ ਕਰਦਿਆਂ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2022–23 ਦੌਰਾਨ 3,592 ਔਰਤਾਂ ਨੂੰ, 2023–24 ਦੌਰਾਨ 3,633 ਔਰਤਾਂ ਨੂੰ, 2024–25 ਦੌਰਾਨ 5,305 ਔਰਤਾਂ ਨੂੰ ਅਤੇ 2025–26 ਦੌਰਾਨ 5,121 ਔਰਤਾਂ ਨੂੰ ਇਹ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਵੱਧ ਰਹੇ ਅੰਕੜੇ ਸਰਕਾਰ ਦੀ ਵਧਦੀ ਪਹੁੰਚ ਅਤੇ ਔਰਤਾਂ ਵਿਚ ਬਣ ਰਹੇ ਭਰੋਸੇ ਦਾ ਪ੍ਰਤੀਕ ਹਨ।

ਡਾ. ਬਲਜੀਤ ਕੌਰ ਨੇ ਕਿਹਾ, “ਇਹ ਸਿਰਫ਼ ਅੰਕੜੇ ਨਹੀਂ, ਸਗੋਂ ਹਿੰਮਤ ਅਤੇ ਉਮੀਦ ਦੀਆਂ ਜੀਵੰਤ ਕਹਾਣੀਆਂ ਹਨ। ਜਿਹੜੀਆਂ ਔਰਤਾਂ ਕਦੇ ਡਰ ਅਤੇ ਅਨਿਆਂ ਦਾ ਸਾਹਮਣਾ ਕਰ ਰਹੀਆਂ ਸਨ, ਉਹ ਅੱਜ ਇੱਜ਼ਤ ਅਤੇ ਆਤਮ-ਵਿਸ਼ਵਾਸ ਨਾਲ ਆਪਣੀ ਜ਼ਿੰਦਗੀ ਨੂੰ ਮੁੜ ਸਵਾਰ ਰਹੀਆਂ ਹਨ। ਵਨ ਸਟਾਪ ਸੈਂਟਰ ਸਿਰਫ਼ ਸੇਵਾ ਕੇਂਦਰ ਨਹੀਂ, ਸਗੋਂ ਔਰਤਾਂ ਲਈ ਸੁਰੱਖਿਆ, ਭਰੋਸੇ ਅਤੇ ਸਸ਼ਕਤੀਕਰਨ ਦਾ ਮਜ਼ਬੂਤ ਸਹਾਰਾ ਬਣ ਕੇ ਉਭਰੇ ਹਨ।”

ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਨ ਸਟਾਪ ਸੈਂਟਰ ਸਥਾਪਿਤ ਕੀਤੇ ਜਾ ਚੁੱਕੇ ਹਨ, ਤਾਂ ਜੋ ਕੋਈ ਵੀ ਔਰਤ ਜ਼ਰੂਰਤ ਦੇ ਸਮੇਂ ਸਹਾਇਤਾ ਤੋਂ ਵਾਂਝੀ ਨਾ ਰਹਿ ਜਾਵੇ।

ਮੰਤਰੀ ਨੇ ਅਪੀਲ ਕੀਤੀ ਕਿ ਹਰ ਇਕ ਔਰਤ ਨੂੰ ਵੂਮੈਨ ਹੈਲਪਲਾਈਨ ਨੰਬਰ 181 (ਟੋਲ-ਫ੍ਰੀ) ਬਾਰੇ ਜਾਣਕਾਰੀ ਜ਼ਰੂਰ ਹੋਣੀ ਚਾਹੀਦੀ ਹੈ ਅਤੇ ਇਸ ਨੰਬਰ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ, ਤਾਂ ਜੋ ਸੰਕਟ ਦੀ ਘੜੀ ਵਿੱਚ ਤੁਰੰਤ ਮਦਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਹੈਲਪਲਾਈਨ ਔਰਤਾਂ ਲਈ ਸੁਰੱਖਿਆ, ਸਹਾਰਾ ਅਤੇ ਭਰੋਸੇ ਦੀ ਮਜ਼ਬੂਤ ਕੜੀ ਸਾਬਤ ਹੋ ਰਹੀ ਹੈ।

ਕਿਹਾ : ਸ਼ਹੀਦਾਂ ਦੇ ਨਾਂ ’ਤੇ ਸਿਰਫ ਵੋਟਾਂ ਦੀ ਰਾਜਨੀਤੀ ਕਰ ਰਹੀ ਹੈ ਆਮ ਆਦਮੀ ਪਾਰਟੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖਟਕੜ ਕਲਾਂ ਵਿਚ ਸਹੁੰ ਚੁੱਕ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਰਾਹ ’ਤੇ ਚੱਲਣ ਦਾ ਦਾਅਵਾ ਕੀਤਾ ਸੀ, ਪਰ ਅਸਲੀਅਤ ਕੁਝ ਹੋਰ ਹੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਭਗਵੰਤ ਮਾਨ, ਭਗਤ ਸਿੰਘ ਦੀ ਸੋਚ ਅਤੇ ਵਿਚਾਰਧਾਰਾ ਤੋਂ ਪੂਰੀ ਤਰ੍ਹਾਂ ਭਟਕ ਚੁੱਕੇ ਹਨ। ਬਾਜਵਾ ਨੇ ਇਲਜ਼ਾਮ ਲਗਾਇਆ ਕਿ ਮੁੱਖ ਮੰਤਰੀ ਮਾਨ ਨੇ ਹੁਣ ਹਰਿਆਣਾ ਅਤੇ ਭਾਜਪਾ ਸਰਕਾਰ ਨਾਲ ਅੰਦਰੂਨੀ ਸਮਝੌਤਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਹੁਣ ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ’ਤੇ ਨਰਮ ਪੈ ਗਏ ਹਨ ਅਤੇ ਹਰਿਆਣਾ ਦਾ ਪੱਖ ਪੂਰ ਰਹੇ ਹਨ। ਪ੍ਰਤਾਪ ਸਿੰਘ ਬਾਜਵਾ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਚੰਡੀਗੜ੍ਹ ਦਾ ਜ਼ਿਕਰ ਕਰਨਾ ਛੱਡ ਦਿੱਤਾ ਹੈ ਅਤੇ ਬੀਬੀਐਮਬੀ ਤੇ ਭਾਖੜਾ  ਡੈਮ ’ਤੇ ਸੀ.ਆਈ.ਐਸ.ਐਫ. ਦੀ ਤੈਨਾਤੀ ’ਤੇ ਚੁੱਪੀ ਧਾਰ ਲਈ ਹੈ।

ਚੰਡੀਗੜ੍ਹ 18 ਮਾਰਚ :

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਹੁਨਰਮੰਦ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਿਨ੍ਹਾਂ ਨੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ ।

ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਸੰਘਰਸ਼ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਫਲਤਾ ਹੋਰਨਾਂ ਨੌਜਵਾਨਾਂ ਲਈ ਪ੍ਰੇਰਣਾ ਹੈ।

ਸਮਾਗਮ ਦੌਰਾਨ ਅਮਨ ਅਲੂਣ, ਰਸਨੀਤ ਕੌਰ, ਮਨਪ੍ਰੀਤ ਕੌਰ, ਜਯੰਤ ਗਰਗ ਅਤੇ ਕ੍ਰਿਤਿਕਾ ਚੌਧਰੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਪੀਕਰ ਨੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।

ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਿਵਲ ਸੇਵਾਵਾਂ ਪ੍ਰਤੀਯੋਗੀ ਪ੍ਰੀਖਿਆ ਪਾਸ ਕਰਨਾ ਇੱਕ ਵੱਡੀ ਪ੍ਰਾਪਤੀ ਹੈ, ਜਿਸ ਲਈ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ ਇਰਾਦੇ ਦੀ ਲੋੜ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ ਤਨਦੇਹੀ ਨਾਲ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਹਮੇਸ਼ਾ ਸੱਚਾਈ, ਇਮਾਨਦਾਰੀ ਅਤੇ ਨਿਆਂ ਨੂੰ ਤਰਜੀਹ ਦੇਣ।

ਉਨ੍ਹਾਂ ਕਿਹਾ ਕਿ ਕਲਮ ਅਤੇ ਕੁਰਸੀ ਦੀ ਤਾਕਤ ਜੇਕਰ ਲੋਕਾਂ ਦੀ ਭਲਾਈ ਲਈ ਵਰਤੀ ਜਾਵੇ ਤਾਂ ਹੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਂਦਾ ਸਕੇਗਾ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੇਸ਼ ਦੇ ਸਾਰੇ ਹੁਨਰਮੰਦ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੰਜਾਬ ਦੀਆਂ ਧੀਆਂ-ਪੁੱਤਰਾਂ ਨੇ ਇੱਕ ਵਾਰ ਫਿਰ ਆਪਣੀ ਪ੍ਰਤਿਭਾ ਅਤੇ ਜਨੂੰਨ ਨਾਲ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ਹੁੰਦੀ।

ਪਟਿਆਲਾ ਦੀਆਂ ਹੀਰੇ ਵਰਗੀਆਂ ਧੀਆਂ ਸਿਮਰਨਦੀਪ ਕੌਰ ਅਤੇ ਰਸਨੀਤ ਕੌਰ, ਬਲਾਚੌਰ ਦੀ ਕ੍ਰਿਤਿਕਾ ਚੌਧਰੀ ਅਤੇ ਮਾਨਸਾ ਦੀ ਮਨਪ੍ਰੀਤ ਕੌਰ ਅਤੇ ਆਕ੍ਰਿਤੀ ਸਿੰਗਲਾ ਨੇ ਆਪਣੇ ਪਰਿਵਾਰਾਂ ਅਤੇ ਪੰਜਾਬ ਦਾ ਮਾਣ ਵਧਾਇਆ ਹੈ।

ਅੰਤ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਭਵਿੱਖ ਵਿੱਚ ਵੀ ਅਜਿਹੇ ਹੁਸ਼ਿਆਰ ਤੇ ਅਗਾਂਹਵਧੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੀ ਰਹੇਗੀ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਗੋਲਡੀ ਕੰਬੋਜ ਅਤੇ ਹੋਰ ਕਈ ਆਗੂ ਇਸ ਸਨਮਾਨ ਸਮਾਰੋਹ ਵਿੱਚ ਮੌਜੂਦ ਸਨ।

ਸੁਖਬੀਰ ਸਿੰਘ ਬਾਦਲ ਨੇ ਚੀਮਾ ਦਾ ਕੀਤਾ ਸਵਾਗਤ
ਚੰਡੀਗੜ੍ਹ/ਬਿਊਰੋ ਨਿਊਜ਼    
ਸਾਬਕਾ ਆਈ.ਏ.ਐਸ. ਅਧਿਕਾਰੀ ਕੇ.ਜੇ. ਐਸ. ਚੀਮਾ ਅਕਾਲੀ ਦਲ ’ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ। ਇਸ ਸੰਬੰਧੀ ਟਵੀਟ ਕਰਕੇ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਮਾਣ ਦਾ ਪਲ ਹੈ, ਜਦੋਂ ਕੇ.ਜੇ.ਐਸ. ਚੀਮਾ ਵਰਗੇ ਸੀਨੀਅਰ ਆਈ.ਏ.ਐਸ. (ਸੇਵਾਮੁਕਤ) ਅਧਿਕਾਰੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਚੀਮਾ ਦਾ ਇਕ ਸ਼ਾਨਦਾਰ ਕਰੀਅਰ ਹੈ। ਉਨ੍ਹਾਂ ਨੇ 10 ਸਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਸੇਵਾ ਨਿਭਾਈ, ਇਸ ਤੋਂ ਇਲਾਵਾ 7 ਸਾਲ ਪੰਜਾਬ ਸਰਕਾਰ ਵਿਚ ਹੋਰ ਪ੍ਰਸ਼ਾਸਕੀ ਅਹੁਦਿਆਂ ’ਤੇ ਵੀ ਰਹੇ ਹਨ। ਚੀਮਾ ਨੇ ਕੇਂਦਰ ਅਤੇ ਹੋਰ ਰਾਜਾਂ ਵਿਚ ਵੀ ਮਹੱਤਵਪੂਰਨ ਅਹੁਦਿਆਂ ’ਤੇ ਕੰਮ ਕੀਤਾ, ਜਿਸ ਵਿਚ 5 ਸਾਲ ਉਸ ਸਮੇਂ ਦੇ ਸਪੀਕਰ ਸੋਮਨਾਥ ਚੈਟਰਜੀ ਦੇ ਸਕੱਤਰ ਅਤੇ 4 ਸਾਲ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਵਧੀਕ ਮੁੱਖ ਸਕੱਤਰ ਦਾ ਅਹੁਦਾ ਸ਼ਾਮਲ ਹੈ। ਬਾਦਲ ਨੇ ਕਿਹਾ ਕਿ ਮੈਂ ਚੀਮਾ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਸਵਾਗਤ ਕਰਦਾ ਹਾਂ ਅਤੇ ਪੰਜਾਬ ਦੀ ਇਕੋ ਇਕ ਖੇਤਰੀ ਪਾਰਟੀ ਨੂੰ ਚੁਣਨ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ।

ਪਟਿਆਲਾ/ਬਿਊਰੋ ਨਿਊਜ਼
ਸਮਾਣਾ ਵਿਖੇ ਲੱਗੇ ਸਰਬ ਧਰਮ ਮੋਰਚੇ ਵਲੋਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਵਿਰੁੱਧ ਸਖਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਅੱਜ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਗਾਇਆ ਗਿਆ। ਇਸ ਧਰਨੇ ਵਿਚ ਸਿੱਖ ਸੰਗਤਾਂ ਅਤੇ ਸਿੱਖ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਅਕਾਲੀ ਦਲ ਮੁੜ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਲਗਾਤਾਰ ਹੋ ਰਹੀਆਂ ਬੇਅਦਬੀਆਂ ਸਿੱਖ ਕੌਮ ਦੇ ਮਾਨ ਸਨਮਾਨ ਨੂੰ ਢਾਹ ਲਗਾ ਰਹੀਆਂ ਹਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਸਰਕਾਰਾਂ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀਆਂ ਹਨ, ਜਿਸ ਕਾਰਨ ਅਜਿਹੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਸਰਵ ਉਚਤਾ ਨੂੰ ਕਦੇ ਵੀ ਨੀਵਾਂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੇਕਰ ਸਰਕਾਰ ਵਲੋਂ ਜਲਦੀ ਸਖਤ ਕਾਨੂੰਨ ਨਾ ਬਣਾਇਆ ਗਿਆ ਤਾਂ ਅਗਲਾ ਧਰਨਾ ਚੰਡੀਗੜ੍ਹ ਵਿਚ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਦਿੱਤਾ ਜਾਵੇਗਾ।  

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦੇ ਜਾਇਜ਼ ਬਕਾਏ ਜਾਰੀ ਕਰਨੇ ਚਾਹੀਦੇ ਹਨ ਜਾਂ ਪਾਣੀ ਲੈਣਾ ਬੰਦ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਇਸ ਵਿਵਸਥਾ ਨੂੰ ਚਲਾਉਣ ਵਾਲੇ ਸਾਲ 1920 ਦੇ ਇਤਿਹਾਸਕ ਸਮਝੌਤੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਾਜਸਥਾਨ ਸਰਕਾਰ ਸਾਲ 1960 ਤੋਂ ਫਿਰੋਜ਼ਪੁਰ ਫੀਡਰ ਰਾਹੀਂ ਕੱਢੇ ਗਏ ਪਾਣੀ ਲਈ ਪੰਜਾਬ ਨੂੰ 1.44 ਲੱਖ ਕਰੋੜ ਰੁਪਏ ਦੀ ਦੇਣਦਾਰ ਹੈ, ਜਿਸ ਲਈ ਇਕ ਪੈਸਾ ਵੀ ਅਦਾ ਨਹੀਂ ਕੀਤਾ ਗਿਆ ਹੈ। ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦਾ ਜਾਇਜ਼ ਬਕਾਇਆ ਜਾਰੀ ਕਰਨਾ ਚਾਹੀਦਾ ਹੈ ਜਾਂ ਪਾਣੀ ਲੈਣਾ ਬੰਦ ਕਰਨਾ ਚਾਹੀਦਾ ਹੈ।"
ਉਨ੍ਹਾਂ ਕਿਹਾ ਕਿ ਸਾਲ 1920 ਦੇ ਦਹਾਕੇ ਵਿੱਚ ਬੀਕਾਨੇਰ ਰਿਆਸਤ, ਸਾਂਝਾ ਪੰਜਾਬ ਅਤੇ ਬਰਤਾਨਵੀ ਰਾਜ ਦਰਮਿਆਨ ਹੋਏ ਇਕ ਸਮਝੌਤੇ ਦੇ ਅਨੁਸਾਰ ਰਾਜਸਥਾਨ ਪ੍ਰਤੀ ਏਕੜ ਦੇ ਆਧਾਰ 'ਤੇ ਪਾਣੀ ਦਾ ਭੁਗਤਾਨ ਕਰਨ ਲਈ ਸਹਿਮਤ ਹੋਇਆ ਸੀ। ਮੁੱਖ ਮੰਤਰੀ ਨੇ ਕਿਹਾ,"ਸਾਲ 1960 ਤੱਕ ਭੁਗਤਾਨ ਕੀਤੇ ਜਾਂਦਾ ਸੀ, ਪਰ ਸਿੰਧੂ ਜਲ ਸਮਝੌਤੇ ਤੋਂ ਬਾਅਦ ਰਾਜਸਥਾਨ ਨੇ ਲਗਾਤਾਰ 18,000 ਕਿਊਸਿਕ ਪਾਣੀ ਲੈਣ ਦੇ ਬਾਵਜੂਦ ਭੁਗਤਾਨ ਕਰਨਾ ਬੰਦ ਕਰ ਦਿੱਤਾ।"  
ਰਾਜਸਥਾਨ ਦੇ ਸਟੈਂਡ ਵਿੱਚ ਵਿਰੋਧਾਭਾਸ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅੱਜ ਵੀ, ਰਾਜਸਥਾਨ 1920 ਦੇ ਸਮਝੌਤੇ ਤਹਿਤ ਪਾਣੀ ਲੈ ਰਿਹਾ ਹੈ, ਪਰ ਜਦੋਂ ਬਕਾਏ ਦੇ ਭੁਗਤਾਨ ਦੀ ਗੱਲ ਆਉਂਦੀ ਹੈ ਤਾਂ ਇਹ 1960 ਦੇ ਸਮਝੌਤੇ ਦਾ ਸਹਾਰਾ ਲੈ ਲੈਂਦਾ ਹੈ।"
ਉਨ੍ਹਾਂ ਅੱਗੇ ਕਿਹਾ, "ਉਸ ਸਮੇਂ ਦੀਆਂ ਸਰਕਾਰਾਂ ਨੇ 1960 ਵਿੱਚ ਨਵੀਂ ਵਿਵਸਥਾ ਵਿੱਚ ਸ਼ਾਮਲ ਹੁੰਦੇ ਸਮੇਂ ਭੁਗਤਾਨ ਦਾ ਜ਼ਿਕਰ ਨਹੀਂ ਕੀਤਾ, ਪਰ ਉਨ੍ਹਾਂ ਨੇ 1920 ਦੇ ਸਮਝੌਤੇ ਨੂੰ ਵੀ ਕਦੇ ਰੱਦ ਨਹੀਂ ਕੀਤਾ।"
ਇਸ ਮਾਮਲੇ ਵਿੱਚ ਪਿਛਲੇ ਸਮੇਂ ਦੀਆਂ ਕਾਰਵਾਈਆਂ 'ਤੇ ਗੰਭੀਰ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਮਝੌਤੇ ਵਿੱਚ ਸਪੱਸ਼ਟ ਤੌਰ 'ਤੇ ਹਰ 25 ਸਾਲਾਂ ਬਾਅਦ ਸਮੀਖਿਆ ਨੂੰ ਲਾਜ਼ਮੀ ਕੀਤਾ ਗਿਆ ਸੀ, ਪਰ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਮੁੱਦੇ ਨੂੰ ਨਹੀਂ ਉਠਾਇਆ ਅਤੇ ਨਾ ਹੀ ਪੰਜਾਬ ਦੇ ਜਾਇਜ਼ ਦਾਅਵੇ ਦੀ ਪੈਰਵੀ ਕੀਤੀ।"
ਇਤਿਹਾਸਕ ਸੰਦਰਭ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਲ 1920 ਵਿੱਚ ਬ੍ਰਿਟਿਸ਼ ਰਾਜ ਦੌਰਾਨ ਬੀਕਾਨੇਰ ਨਾਲ ਹੋਏ ਇੱਕ ਸਮਝੌਤੇ ਤਹਿਤ 1960 ਤੱਕ ਪੰਜਾਬ ਦਾ 18,000 ਕਿਊਸਿਕ ਪਾਣੀ ਲਗਾਤਾਰ ਸਪਲਾਈ ਕੀਤਾ ਜਾਂਦਾ ਰਿਹਾ। ਹਾਲਾਂਕਿ, ਸਿੰਧੂ ਜਲ ਸੰਧੀ ਤੋਂ ਬਾਅਦ ਇਸ ਸਮਝੌਤੇ ਦਾ ਕੋਈ ਜ਼ਿਕਰ ਨਹੀਂ ਸੀ। ਜੇਕਰ ਅਸੀਂ 1960 ਤੋਂ 2026 ਤੱਕ ਦੇ ਬਕਾਏ ਦਾ ਹਿਸਾਬ ਲਾਈਏ ਤਾਂ ਰਾਜਸਥਾਨ ਪੰਜਾਬ ਦਾ ₹1.44 ਲੱਖ ਕਰੋੜ ਬਕਾਇਆ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਅਸੀਂ ਇਹ ਮੁੱਦਾ ਕੇਂਦਰ ਸਰਕਾਰ ਅਤੇ ਰਾਜਸਥਾਨ ਸਰਕਾਰ, ਦੋਵਾਂ ਕੋਲ ਉਠਾਇਆ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਰਾਜਸਥਾਨ ਸਰਕਾਰ ਨੂੰ ਇਸ ਮੁੱਦੇ 'ਤੇ ਚਰਚਾ ਕਰਨ ਲਈ ਮੀਟਿੰਗ ਦੀ ਮੰਗ ਕਰਨ ਲਈ ਇਕ ਪੱਤਰ ਵੀ ਲਿਖਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਮਾਮਲੇ ਨੂੰ ਮਜ਼ਬੂਤੀ ਨਾਲ ਅੱਗੇ ਵਧਾਏਗਾ। ਉਨ੍ਹਾਂ ਕਿਹਾ, “ਸਾਡੀ ਸਰਕਾਰ ਸਾਲ 1920 ਦੇ ਸਮਝੌਤੇ ਦੀ ਸਮੀਖਿਆ ਦੀ ਮੰਗ ਕਰਦੀ ਹੈ ਤਾਂ ਜੋ ਪੰਜਾਬ ਆਪਣੇ ਜਾਇਜ਼ ਬਕਾਏ ਦੀ ਵਸੂਲੀ ਕਰ ਸਕੇ। ਅਸੀਂ ਇਸ ਮੁੱਦੇ ਨੂੰ ਸਾਰੇ ਮੰਚਾਂ 'ਤੇ ਜ਼ੋਰਦਾਰ ਢੰਗ ਨਾਲ ਉਠਾਵਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਪੰਜਾਬ ਨੂੰ ਉਹ ਮਿਲੇ, ਜੋ ਉਸ ਦਾ ਹੱਕ ਹੈ। ਅਸੀਂ ਇਸ ਪੈਸੇ ਦੀ ਵਸੂਲੀ ਲਈ ਕੋਈ ਕਸਰ ਨਹੀਂ ਛੱਡਾਂਗੇ।”

ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲਿਆਂ ਉੱਤੇ ਚਿੰਤਾ ਪ੍ਰਗਟ ਕੀਤੀ ਹੈ। ਜਥੇਦਾਰ ਨੇ  ਸਿੱਖ ਕੌਮ ਅਤੇ ਨੌਜਵਾਨਾਂ ਦੇ ਨਾਮ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕੌਮ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਜਦੋਂ ਵੀ ਏ.ਆਈ. ਨਾਲ ਬਣੀ ਕੋਈ ਇਤਰਾਜ਼ਯੋਗ ਵੀਡੀਓ ਜਾਂ ਫੋਟੋ ਆਦਿ ਸਾਹਮਣੇ ਆਵੇ ਤਾਂ ਉਸ ਨੂੰ ਅੱਗੇ ਸਾਂਝੀ ਕਰਨ ਦੀ ਬਜਾਏ ਸਬੰਧਤ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਤੁਰੰਤ ਹੀ ਇਤਰਾਜ਼ਯੋਗ ਸਮੱਗਰੀ ਵਜੋਂ ਰਿਪੋਰਟ ਕਰਨਾ ਚਾਹੀਦਾ ਹੈ। ਜਥੇਦਾਰ ਗੜਗੱਜ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਵੀ ਹਦਾਇਤ ਕੀਤੀ ਕਿ ਅਜਿਹੇ ਮਾਮਲਿਆਂ ਵਿੱਚ ਸਖਤੀ ਵਰਤੀ ਜਾਵੇ ਅਤੇ ਨੋਟਿਸ ਲੈ ਕੇ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਏਆਈ ਤਕਨਾਲੋਜੀ ਮਾੜੀ ਨਹੀਂ ਅਤੇ ਜੇਕਰ ਤਕਨੀਕ ਦੀ ਸਹੀ ਵਰਤੋਂ ਕੀਤੀ ਜਾਵੇ ਤਾਂ ਇਸ ਨਾਲ ਚੰਗਾ ਸਮਾਜ ਵੀ ਸਿਰਜਿਆ ਜਾ ਸਕਦਾ ਹੈ।  

ਮੋਹਾਲੀ (ਐਸ.ਏ.ਐਸ. ਨਗਰ) : ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫ਼ਰ ਵਿੱਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਦੇ ਵਿਲੱਖਣ ਦ੍ਰਿਸ਼ਟੀਕੋਣ ਨੂੰ ਉਚੇਚੇ ਤੌਰ ’ਤੇ ਉਭਾਰਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਔਰਤਾਂ ਦਾ ਸਸ਼ਕਤੀਕਰਨ ਸਿੱਖਿਆ, ਢੁਕਵੀਂ ਨੁਮਾਇੰਦਗੀ ਅਤੇ ਆਰਥਿਕ ਮੌਕਿਆਂ ਰਾਹੀਂ ਕੀਤਾ ਜਾ ਸਕਦਾ ਹੈ। ਜ਼ਮੀਨੀ ਪੱਧਰ ’ਤੇ ਨਿਵੇਕਲੇ ਹੁਨਰ ਰਾਹੀਂ ਕਾਮਯਾਬ ਹੋਈਆਂ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਮੋਹਾਲੀ ਵਿਖੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 'ਆਪ' ਸਰਕਾਰ ਦੀਆਂ ਪਹਿਲਕਦਮੀਆਂ, ਨੌਕਰੀਆਂ ਵਿੱਚ ਰਾਖਵੇਂਕਰਨ ਅਤੇ ਵਿੱਤੀ ਸਹਾਇਤਾ ਦੇ ਨਾਲ ਨਾਲ ਵਿਆਪਕ ਰੋਜ਼ੀ-ਰੋਟੀ ਸਬੰਧੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਔਰਤਾਂ ਨੂੰ ਫੈਸਲਾ ਲੈਣ ਵਾਲੇ ਅਹੁਦਿਆਂ ਤੱਕ ਪਹੁੰਚਣ ਅਤੇ ਸੂਬੇ ਦੇ ਭਵਿੱਖ ਨੂੰ ਸੰਵਾਰਨ ਦੀ ਅਪੀਲ ਕੀਤੀ।
ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬੇਹੱਦ ਜ਼ਰੂਰੀ ਹੈ ਕਿ ਕੁੜੀਆਂ ਅੱਗੇ ਆਉਣ ਅਤੇ ਸਿੱਖਿਆ ਰਾਹੀਂ ਖੁਦ ਨੂੰ ਸਸ਼ਕਤ ਬਣਾਉਣ। ਇਹ ਦੇਸ਼ ਲਈ ਲਾਹੇਵੰਦ ਹੈ ਕਿਉਂਕਿ ਘਰਾਂ ਅਤੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੰਭਾਲਣ ਵਾਲੀਆਂ ਔਰਤਾਂ ਨੂੰ ਦੇਸ਼ ਦਾ ਵਿਵਸਥਾ ਨੂੰ ਵੀ ਚਲਾਉਣਾ ਚਾਹੀਦਾ ਹੈ। ਸੂਬਾ ਸਰਕਾਰ ਇਸ ਨੇਕ ਕਾਰਜ ਪ੍ਰਤੀ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।"
ਸਿਆਸਤ ਵਿੱਚ ਔਰਤਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ, "ਲੜਕੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਿਆਸਤ ਵਿੱਚ ਪੈਰ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਫੈਸਲੇ ਲੈਣ ਵਿੱਚ ਸਰਗਰਮ ਭਾਈਵਾਲ ਬਣ ਸਕਣ ਅਤੇ ਸਮਾਜ ਵਿੱਚ ਜ਼ਰੂਰੀ ਬਦਲਾਅ ਲਿਆ ਸਕਣ। ਅੱਜ ਕੁੜੀਆਂ ਲਗਭਗ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਹਨ ਪਰ ਸਿਆਸਤ ਵਿੱਚ ਅਜੇ ਵੀ ਪਿੱਛੇ ਹਨ। ਇਸ ਖੇਤਰ ਨੂੰ ਲੰਬੇ ਸਮੇਂ ਤੋਂ ਮਰਦਾਂ ਦੀ ਜਾਗੀਰ ਮੰਨਿਆ ਜਾਂਦਾ ਰਿਹਾ ਹੈ ਪਰ ਸਮਾਂ ਆ ਗਿਆ ਹੈ ਕਿ ਔਰਤਾਂ ਸਿਆਸਤ ਵਿੱਚ ਵੀ ਨਾਮਣਾ ਖੱਟਣ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਔਰਤਾਂ ਦੀ ਭਾਈਵਾਲੀ ਜ਼ਰੂਰੀ ਹੈ। ਔਰਤਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਅਤੇ ਉਨ੍ਹਾਂ ਦੇ ਪਰਿਵਾਰ ਆਪਣੀ ਵੋਟ ਦੀ ਵਰਤੋਂ ਪੂਰੀ ਸਮਝ ਅਤੇ ਧਿਆਨ ਨਾਲ ਕਰਨ ਤਾਂ ਜੋ ਵਿਧਾਨ ਸਭਾ ਅਤੇ ਸੰਸਦ ਲਈ ਯੋਗ ਆਗੂ ਚੁਣੇ ਜਾਣ।"
ਸੂਬੇ ਲਈ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ, "ਇਹ ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਵਿੱਚ ਮਦਦ ਕਰੇਗਾ। ਇਹ ਮਾਣ ਵਾਲੀ ਗੱਲ ਹੈ ਕਿ ਅੱਜ ਕੁੜੀਆਂ ਸਾਰੇ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਸੂਬਾ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਨਿਰੰਤਰ ਕਦਮ ਚੁੱਕੇ ਗਏ ਹਨ। 'ਆਪ' ਸਰਕਾਰ ਨੇ ਕਈ ਔਰਤਾਂ ਨੂੰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਜੋਂ ਨਿਯੁਕਤ ਕੀਤਾ ਹੈ ਜੋ ਕਿ ਪਹਿਲਾਂ ਨਾਲੋਂ ਵੱਡਾ ਬਦਲਾਅ ਹੈ। ਕਿਸੇ ਵੀ ਸਰਕਾਰ ਦੇ ਮੁਕਾਬਲੇ ਆਪ ਵੱਲੋਂ ਇਨ੍ਹਾਂ ਅਹੁਦਿਆਂ 'ਤੇ ਸਭ ਤੋਂ ਵੱਧ ਗਿਣਤੀ ਵਿੱਚ ਔਰਤਾਂ ਨੂੰ ਤਾਇਨਾਤ ਕੀਤਾ ਗਿਆ ਹੈ।"
ਔਰਤਾਂ ਨੂੰ ਪ੍ਰੇਰਿਤ ਕਰਨ ਲਈ ਵਿਸ਼ਵਵਿਆਪੀ ਉਦਾਹਰਨ ਪੇਸ਼ ਕਰਦਿਆਂ ਉਨ੍ਹਾਂ ਕਿਹਾ, "ਚੀਨ ਵਿੱਚ ਹਰ ਔਰਤ ਕਿਸੇ ਨਾ ਕਿਸੇ ਵਸਤੂ ਦੇ ਉਤਪਾਦਨ ਵਿੱਚ ਲੱਗੀ ਹੋਈ ਹੈ। ਜੇਕਰ ਉਹ ਨਿਰਯਾਤ ਕਰਨਾ ਬੰਦ ਕਰ ਦਿੰਦੀਆਂ ਹਨ ਤਾਂ ਵਿਸ਼ਵ ਦੀ ਅਰਥਵਿਵਸਥਾ ਪ੍ਰਭਾਵਿਤ ਹੋ ਜਾਵੇਗੀ। ਪੰਜਾਬੀ ਔਰਤਾਂ ਨੂੰ ਮਾਤਾ ਗੁਜਰੀ ਜੀ, ਮਾਈ ਭਾਗੋ ਅਤੇ ਹੋਰ ਮਹਾਨ ਸ਼ਖਸੀਅਤਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਬੁਲੰਦੀਆਂ ਨੂੰ ਛੂਹਣਾ ਚਾਹੀਦਾ ਹੈ। ਸਾਡੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵਿਆਪਕ ਸੁਧਾਰ ਕੀਤੇ ਗਏ ਹਨ ਤਾਂ ਜੋ ਸੂਬੇ ਭਰ ਵਿੱਚ ਖਾਸ ਕਰਕੇ ਕੁੜੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਸਿੱਖਿਆ ਕਮਜ਼ੋਰ ਵਰਗਾਂ ਦੇ ਜੀਵਨ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤ ਗਰੀਬੀ ਜਾਂ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ। ਸਿੱਖਿਆ ਇਸ ਚੱਕਰ ਨੂੰ ਤੋੜਨ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਦਾ ਇੱਕੋ-ਇੱਕ ਤਰੀਕਾ ਹੈ ਅਤੇ ਇਸੇ ਲਈ ਸਾਡੀ ਸਰਕਾਰ ਇਸ ਨੂੰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ। ਔਰਤਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਹਰ ਖੇਤਰ ਵਿੱਚ ਸਮਰਪਣ ਭਾਵਨਾ ਨਾਲ ਉੱਤਮਤਾ ਪ੍ਰਾਪਤ ਕਰਨੀ ਚਾਹੀਦੀ ਹੈ। ਸਰਕਾਰ ਵੱਲੋਂ ਮੁਕੰਮਲ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ਪਰ ਸਮੇਂ ਦੇ ਹਾਣੀ ਬਣੇ ਰਹਿਣ ਲਈ ਹੁਨਰਾਂ ਨੂੰ ਸਿੱਖਦੇ ਰਹਿਣਾ ਅਤੇ ਖੁਦ ਨੂੰ ਅਪਗ੍ਰੇਡ ਕਰਦੇ ਰਹਿਣਾ ਵੀ ਉਨਾ ਹੀ ਮਹੱਤਵਪੂਰਨ ਹੈ।
ਉਨ੍ਹਾਂ ਅੱਗੇ ਕਿਹਾ, "ਅੱਜ ਪੰਜਾਬ ਦੀਆਂ ਔਰਤਾਂ ਲਈ ਇਤਿਹਾਸਕ ਦਿਨ ਹੈ ਜਿਨ੍ਹਾਂ ਨੇ ਸਖ਼ਤ ਮਿਹਨਤ ਤੇ ਲਗਨ ਨਾਲ ਆਪਣੀ ਪਛਾਣ ਬਣਾਈ ਹੈ। ਮਹਿਲਾ ਉੱਦਮੀਆਂ ਨੂੰ ਹਮੇਸ਼ਾ ਮੌਕੇ ਦਿੱਤੇ ਜਾਣੇ ਚਾਹੀਦੇ ਹਨ ਅਤੇ ਅਸੀਂ ਉਨ੍ਹਾਂ ਨੂੰ ਸਨਮਾਨਿਤ ਕਰਨ 'ਤੇ ਮਾਣ ਮਹਿਸੂਸ ਕਰ ਰਹੇ ਹਾਂ। ਕਿਸੇ ਵੀ ਸਮਾਜ ਦਾ ਵਿਕਾਸ ਔਰਤਾਂ ਦੇ ਯੋਗਦਾਨ ਤੋਂ ਬਿਨਾਂ ਅਧੂਰਾ ਹੈ।"
ਸੱਭਿਆਚਾਰਕ ਅਤੇ ਦਾਰਸ਼ਨਿਕ ਪਿਛੋਕੜ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਸਿਧਾਂਤਾਂ ਵਿੱਚ ਔਰਤਾਂ ਨੂੰ ਹਮੇਸ਼ਾ ਸਨਮਾਨਜਨਕ ਸਥਾਨ ਦਿੱਤਾ ਜਾਂਦਾ ਹੈ। ਅੱਜ ਪੰਜਾਬ ਰਾਜ ਪੇਂਡੂ ਆਜੀਵਕਾ ਮਿਸ਼ਨ (ਪੀ.ਐਸ.ਆਰ.ਐਲ.ਐਮ.) ਅਧੀਨ 23 ਜ਼ਿਲ੍ਹਿਆਂ ਦੀਆਂ ਸਭ ਤੋਂ ਬਿਹਤਰ ਪ੍ਰਦਰਸ਼ਨ ਕਰਨ ਵਾਲੀਆਂ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਹਰੇਕ ਨੂੰ 25,000 ਰੁਪਏ, ਇੱਕ ਸਰਟੀਫਿਕੇਟ ਅਤੇ ਇੱਕ ਯਾਦਗਾਰੀ ਚਿੰਨ੍ਹ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ 117 ਵਿਧਾਨ ਸਭਾ ਹਲਕਿਆਂ ਵਿੱਚ 11,700 ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ, “ਜ਼ਿਲ੍ਹਾ ਪੱਧਰ 'ਤੇ 23 ਜ਼ਿਲ੍ਹਿਆਂ ਵਿੱਚ 2,300 ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਕੁੱਲ 58,303 ਸਵੈ-ਸਹਾਇਤਾ ਗਰੁੱਪ ਬਣਾਏ ਗਏ ਹਨ ਜਿਹਨਾਂ ਨਾਲ ਲਗਭਗ 5.89 ਲੱਖ ਪੇਂਡੂ ਪਰਿਵਾਰ ਜੁੜੇ ਹਨ ਅਤੇ ਇਹਨਾਂ ਨੂੰ ਮਜ਼ਬੂਤ ਕਰਨ ਲਈ 147 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।”
ਉੱਦਮ ਲਈ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲ ਸਟਾਰਟਅੱਪ ਪ੍ਰੋਜੈਕਟ ਤਹਿਤ 2,000 ਤੋਂ ਵੱਧ ਸਟਾਰਟਅੱਪ ਲਾਂਚ ਕੀਤੇ ਗਏ ਹਨ ਜਿਸ ਨਾਲ 7,560 ਲੋਕਾਂ ਲਈ ਰੁਜ਼ਗਾਰ ਪੈਦਾ ਹੋਇਆ ਹੈ ਅਤੇ ਇਹ ਆਰਥਿਕ ਮਜ਼ਬੂਤੀ ਵੱਲ ਇੱਕ ਵੱਡਾ ਕਦਮ ਹੈ। ਇਸ ਦੇ ਨਾਲ ਹੀ 19 ਜ਼ਿਲ੍ਹਿਆਂ ਵਿੱਚ ਸਖੀ ਸ਼ਕਤੀ ਮੇਲੇ ਕਰਵਾਏ ਗਏ ਹਨ, ਜਿਸ ਨਾਲ ਔਰਤਾਂ ਲਈ ਇਕ ਕਰੋੜ ਰੁਪਏ ਤੋਂ ਵੱਧ ਦੀ ਕਮਾਈ ਹੋਈ ਹੈ। ਵੇਰਕਾ ਦੇ ਸਹਿਯੋਗ ਨਾਲ ਡੇਅਰੀ ਸਹਿਕਾਰੀ ਸਭਾਵਾਂ ਵੀ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਜਿਹਨਾਂ ਵਿੱਚ 7,000 ਔਰਤਾਂ ਨੂੰ ਸ਼ਾਮਲ ਹੋਣਗੀਆਂ ਅਤੇ ਰੋਜ਼ਾਨਾ 85,000 ਲੀਟਰ ਦੁੱਧ ਸਪਲਾਈ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਸੂਬੇ ਭਰ ਵਿੱਚ ਅਜਿਹੀਆਂ 1,000 ਸਭਾਵਾਂ ਸਥਾਪਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ।”
ਉਨ੍ਹਾਂ ਅੱਗੇ ਕਿਹਾ, “ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜਰਨਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਦਿੱਤੇ ਜਾਣਗੇ। ਇਹ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪੰਜਾਬ ਦੀਆਂ 97 ਫ਼ੀਸਦ ਔਰਤਾਂ ਨੂੰ ਲਾਭ ਹੋਵੇਗਾ। ਸਰਕਾਰ ਵੱਲੋਂ 9,300 ਕਰੋੜ ਰੁਪਏ ਅਲਾਟ ਕੀਤੇ ਹਨ ਅਤੇ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮਿਲਣਗੀਆਂ ਜਿਨ੍ਹਾਂ ਵਿੱਚ 2 ਕਿਲੋ ਖੰਡ, 2 ਕਿਲੋ ਦਾਲ, 1 ਲੀਟਰ ਸਰ੍ਹੋਂ ਦਾ ਤੇਲ, 200 ਗ੍ਰਾਮ ਹਲਦੀ ਅਤੇ 1 ਕਿਲੋ ਨਮਕ ਸ਼ਾਮਲ ਹੈ। ਇਸ ਯੋਜਨਾ ਲਈ 900 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਜੋ ਔਰਤਾਂ ਦੇ ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰੇਗਾ।”
ਸਸ਼ਕਤੀਕਰਨ ਸਬੰਧੀ ਢਾਂਚਾਗਤ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 33 ਫ਼ੀਸਦ ਰਾਖਵਾਂਕਰਨ ਪ੍ਰਦਾਨ ਕੀਤਾ ਹੈ ਅਤੇ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਗੀਆਂ 65,000 ਤੋਂ ਵੱਧ ਨੌਕਰੀਆਂ ਵਿੱਚ ਔਰਤਾਂ ਦੀ ਅਹਿਮ ਗਿਣਤੀ ਸ਼ਾਮਲ ਹੈ ਜਿਸ ਨਾਲ ਪ੍ਰਬੰਧਨ ਅਤੇ ਪ੍ਰਸ਼ਾਸਨ ਵਿੱਚ ਉਨ੍ਹਾਂ ਦੀ ਵਧਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਗਿਆ ਹੈ। ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਅਤੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ, ਇਹ ਸਭ ਔਰਤਾਂ ਦੀ ਭਲਾਈ ਲਈ ਹਨ। ਪੰਜਾਬ ਸਰਕਾਰ ਵੱਲੋਂ ਸਥਾਨਕ ਇਕਾਈਆਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਲਈ 50 ਫੀਸਦ ਰਾਖਵਾਂਕਰਨ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ। ਲਗਭਗ 1.86 ਲੱਖ ਲੜਕੀਆਂ ਨੂੰ 27,314 ਆਂਗਣਵਾੜੀ ਕੇਂਦਰਾਂ ਰਾਹੀਂ ਪੌਸ਼ਟਿਕ ਭੋਜਨ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਹਜ਼ਾਰਾਂ ਵਰਕਰਾਂ ਦੀ ਭਰਤੀ ਪ੍ਰਗਤੀ ਅਧੀਨ ਹੈ।”
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, "ਔਰਤਾਂ, ਖਾਸ ਕਰਕੇ ਸਕੂਲ ਅਤੇ ਕਾਲਜ ਜਾਣ ਵਾਲੀਆਂ ਕੁੜੀਆਂ ਲਈ ਮੁਫ਼ਤ ਯਾਤਰਾ ਇੱਕ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਔਰਤਾਂ ਨੂੰ ਸਵੈ-ਨਿਰਭਰ ਬਣਨਾ ਚਾਹੀਦਾ ਹੈ ਅਤੇ ਸਰਕਾਰ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹ ਰਹੀ ਹੈ। ਕੁੜੀਆਂ ਹੁਣ ਸਮਾਜ ਦਾ ਕਮਜ਼ੋਰ ਵਰਗ ਨਹੀਂ ਹਨ; ਉਹ ਹਰ ਪੱਖੋਂ ਮਜ਼ਬੂਤ ਹਨ ਅਤੇ ਇਸ ਬਾਰੇ ਉਨ੍ਹਾਂ ਨੂੰ ਆਤਮਵਿਸ਼ਵਾਸ਼ ਹੋਣਾ ਚਾਹੀਦਾ ਹੈ।"
ਇਸ ਦੌਰਾਨ, 'ਆਪ' ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, "ਪਹਿਲਾਂ ਅਜਿਹੇ ਸਮਾਗਮ ਸਿਰਫ਼ ਧਨਾਢ ਪਰਿਵਾਰਾਂ ਦੀਆਂ ਔਰਤਾਂ ਤੱਕ ਸੀਮਤ ਸਨ। ਪਹਿਲੀ ਵਾਰ ਸਧਾਰਨ ਪਰਿਵਾਰਾਂ ਦੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਲਹਿਰ ਸਸ਼ਕਤੀਕਰਨ ਰਾਹੀਂ ਔਰਤਾਂ ਦੇ ਜੀਵਨ ਨੂੰ ਬਦਲਣ ਅਤੇ ਹੋਰਨਾਂ ਨੂੰ ਰਾਸ਼ਟਰ ਨਿਰਮਾਤਾ ਵਜੋਂ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨ ਵਿੱਚ ਬਹੁਤ ਮਦਦ ਕਰੇਗੀ।"
ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਪਤਵੰਤ ਵੀ ਮੌਜੂਦ ਸਨ।

ਸੀਐਮ ਮਾਨ ਨੇ ਕਿਹਾ : ਰਾਜਸਥਾਨ ’ਤੇ ਪੰਜਾਬ ਦੇ ਪਾਣੀ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ
ਚੰਡੀਗੜ੍ਹ/ਬਿਊਰੋ ਨਿਊਜ਼    
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ ’ਤੇ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਉਨ੍ਹਾਂ ਨਾਲ ਮੌਜੂਦ ਸਨ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਜਸਥਾਨ ’ਤੇ ਪੰਜਾਬ ਦੇ ਪਾਣੀ ਦਾ 1.44 ਲੱਖ ਕਰੋੜ ਰੁਪਏ ਬਕਾਇਆ ਹੈ ਅਤੇ ਇਸ ਲਈ ਅਸੀਂ ਰਾਜਸਥਾਨ ਨੂੰ ਚਿੱਠੀ ਵੀ ਲਿਖ ਚੁੱਕੇ ਹਾਂ ਅਤੇ ਅਸੀਂ ਰਾਜਸਥਾਨ ਤੋਂ ਇਸ ਬਕਾਏ ਦੀ ਮੰਗ ਕਰਾਂਗੇ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਰਾਜਸਥਾਨ ਤੋਂ ਰਾਇਲਟੀ ਦੀ ਵੀ ਮੰਗ ਕਰੇਗਾ। ਉਨ੍ਹਾਂ ਦੱਸਿਆ ਕਿ 1960 ਤੱਕ ਰਾਜਸਥਾਨ ਪੈਸੇ ਦਿੰਦਾ ਰਿਹਾ, ਪਰ ਉਸ ਤੋਂ ਬਾਅਦ ਕੋਈ ਵੀ ਪੈਸਾ ਨਹੀਂ ਦਿੱਤਾ ਗਿਆ। ਮਾਨ ਨੇ ਕਿਹਾ ਕਿ ਜੇਕਰ ਰਾਜਸਥਾਨ 1920 ਦੇ ਸਮਝੌਤੇ ਤਹਿਤ ਪਾਣੀ ਪ੍ਰਾਪਤ ਕਰ ਰਿਹਾ ਹੈ, ਤਾਂ ਉਸਨੂੰ ਉਸ ਅਨੁਸਾਰ ਭੁਗਤਾਨ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਰਾਜਸਥਾਨ ਫੀਡਰ ਵਿੱਚੋਂ ਇਸ ਵੇਲੇ ਕਰੀਬ 18,000 ਕਿਊਸਿਕ ਪਾਣੀ ਵਹਿ ਰਿਹਾ ਹੈ, ਜਦੋਂ ਕਿ ਕੋਈ ਵਿੱਤੀ ਮੁਆਵਜ਼ਾ ਨਹੀਂ ਮਿਲ ਰਿਹਾ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.