Friday, 17 April 2026

ਆਦਮਪੁਰ (ਜਲੰਧਰ) : ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਫੈਸਲਾਕੁੰਨ ਭਲਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਲਗਭਗ ਹਰ ਮਹਿਲਾ ਦੇ ਸ਼ਕਤੀਕਰਨ ਲਈ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਸੂਬੇ ਭਰ ਦੀਆਂ ਔਰਤਾਂ ਨੂੰ 1000 ਤੋਂ 1500 ਰੁਪਏ ਤੱਕ ਦੀ ਮਾਸਿਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਸਕੀਮ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਦ੍ਰਿਸ਼ਟੀਕੋਣ ਪ੍ਰਤੀ ਸੱਚੀ ਸ਼ਰਧਾਂਜਲੀ ਦੱਸਦਿਆਂ ਮੁੱਖ ਮੰਤਰੀ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ, ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਸਿਰਫ ਤਿੰਨ ਦਸਤਾਵੇਜ਼ਾਂ ਨਾਲ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ, ਜਦੋਂ ਕਿ ਕੈਂਪਾਂ ਅਤੇ ਸਹਾਇਕ ਸਟਾਫ ਦੇ ਇੱਕ ਵਿਸ਼ਾਲ ਨੈੱਟਵਰਕ ਰਾਹੀਂ ਔਰਤਾਂ ਨੂੰ ਉਨ੍ਹਾਂ ਦੇ ਘਰ ਹੀ ਸਹੂਲਤ ਪ੍ਰਦਾਨ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ।

ਇਹ ਯੋਜਨਾ ਪਹਿਲਾਂ 9 ਹਲਕਿਆਂ ਵਿੱਚ ਸ਼ੁਰੂ ਕੀਤੀ ਜਾਵੇਗੀ ਅਤੇ 15 ਮਈ ਤੋਂ ਇਸ ਦਾ ਵਿਸਥਾਰ ਬਾਕੀ 108 ਹਲਕਿਆਂ ਵਿੱਚ ਕੀਤਾ ਜਾਵੇਗਾ। ਸਕੀਮ ਦਾ ਭੁਗਤਾਨ ਜੁਲਾਈ ਤੋਂ ਸ਼ੁਰੂ ਜਾਵੇਗਾ ਅਤੇ ਰਜਿਸਟ੍ਰੇਸ਼ਨ ਲਈ ਕੋਈ ਸਮਾਂ ਸੀਮਾ ਨਹੀਂ ਹੋਵੇਗੀ। ਇਸ ਨਾਲ ਹਰ ਯੋਗ ਔਰਤ ਨੂੰ ਲਾਭ ਦੀ ਗਰੰਟੀ ਪ੍ਰਦਾਨ ਕੀਤੀ ਗਈ ਹੈ ਭਾਵੇਂ ਉਹ ਕਦੋਂ ਵੀ ਰਜਿਸਟਰੇਸ਼ਨ ਕਰਵਾਉਣ। 26,000 ਰਜਿਸਟ੍ਰੇਸ਼ਨ ਕੇਂਦਰਾਂ ਅਤੇ ਹਰ ਪਿੰਡ ਅਤੇ ਵਾਰਡ ਵਿੱਚ ਤਾਇਨਾਤ ਸਮਰਪਿਤ ਮਹਿਲਾ ਸਤਿਕਾਰ ਸਖੀਆਂ ਦੇ ਨਾਲ ਇਸ ਯੋਜਨਾ ਨੂੰ ਵੱਡੇ ਪੱਧਰ 'ਤੇ ਲਾਗੂ ਕਰਨ, ਬਿਹਤਰ ਪਹੁੰਚ ਯਕੀਨੀ ਬਣਾਉਣ ਅਤੇ ਨਿਸ਼ਚਤਤਾ ਲਈ ਤਿਆਰ ਕੀਤੀ ਗਈ ਹੈ, ਜੋ ਇਸਨੂੰ ਦੇਸ਼ ਵਿੱਚ ਔਰਤਾਂ ਲਈ ਸਭ ਤੋਂ ਵੱਧ ਵਿਆਪਕ ਸਿੱਧੀ ਵਿੱਤੀ ਸਹਾਇਤਾ ਪਹਿਲਕਦਮੀਆਂ ਵਿੱਚ ਸ਼ੁਮਾਰ ਕਰਦੀ ਹੈ।

ਸੀਨੀਅਰ 'ਆਪ' ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਇਹ ਯੋਜਨਾ ਪਾਇਲਟ ਆਧਾਰ 'ਤੇ ਆਦਮਪੁਰ, ਮਲੋਟ, ਸ੍ਰੀ ਅਨੰਦਪੁਰ ਸਾਹਿਬ, ਦਿੜ੍ਹਬਾ, ਸੁਨਾਮ, ਮੋਗਾ, ਕੋਟਕਪੂਰਾ, ਬਟਾਲਾ ਅਤੇ ਪਟਿਆਲਾ ਦਿਹਾਤੀ ਸਮੇਤ 9 ਹਲਕਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ, "ਬਾਕੀ 108 ਹਲਕਿਆਂ ਵਿੱਚ ਔਰਤਾਂ ਲਈ ਰਜਿਸਟ੍ਰੇਸ਼ਨ 15 ਮਈ ਤੋਂ ਸ਼ੁਰੂ ਹੋਵੇਗੀ। ਜੁਲਾਈ 2026 ਤੋਂ 1000 ਜਾਂ 1500 ਰੁਪਏ ਦੇ ਮਾਸਿਕ ਭੁਗਤਾਨ ਸ਼ੁਰੂ ਹੋਣਗੇ।"

ਔਰਤਾਂ ਨੂੰ ਪਹੁੰਚਯੋਗਤਾ ਬਾਰੇ ਭਰੋਸਾ ਦਿਵਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਜਿਸਟ੍ਰੇਸ਼ਨ ਲਈ ਕੋਈ ਸਮਾਂ ਸੀਮਾ ਨਹੀਂ ਹੈ ਅਤੇ ਔਰਤਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਭਾਵੇਂ ਉਹ ਰਜਿਸਟਰੇਸ਼ਨ 15 ਅਪ੍ਰੈਲ ਜਾਂ 15 ਮਈ ਜਾਂ 15 ਅਗਸਤ ਨੂੰ ਕਰਵਾਉਣ।" ਉਨ੍ਹਾਂ ਅੱਗੇ ਕਿਹਾ ਕਿ ਦੇਰੀ ਨਾਲ ਰਜਿਸਟ੍ਰੇਸ਼ਨ ਕਰਵਾਉਣ ਨਾਲ ਲਾਭਾਂ 'ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਉਨ੍ਹਾਂ ਅੱਗੇ ਕਿਹਾ, "ਉਨ੍ਹਾਂ ਨੂੰ ਜੁਲਾਈ ਤੋਂ ਬਾਅਦ ਆਪਣਾ ਪੂਰਾ ਭੁਗਤਾਨ ਮਿਲੇਗਾ ਇਸ ਲਈ ਭਾਵੇਂ ਉਹ ਸਤੰਬਰ ਦੇ ਅੰਤ ਵਿੱਚ ਰਜਿਸਟਰ ਕਰਦੇ ਹਨ, ਫਿਰ ਵੀ ਉਨ੍ਹਾਂ ਨੂੰ ਤਿੰਨ ਮਹੀਨਿਆਂ ਭਾਵ ਜੁਲਾਈ, ਅਗਸਤ ਅਤੇ ਸਤੰਬਰ ਲਈ ਪੂਰਾ ਭੁਗਤਾਨ ਮਿਲੇਗਾ।"

ਦਸਤਾਵੇਜ਼ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ, “ਰਜਿਸਟ੍ਰੇਸ਼ਨ ਲਈ ਸਿਰਫ਼ ਤਿੰਨ ਦਸਤਾਵੇਜ਼ਾਂ ਦੀ ਲੋੜ ਹੁੰਦੀ ਹੈ ਜਿਨ੍ਹਾਂ ਵਿੱਚ ਪੰਜਾਬ ਦੇ ਪਤੇ ਵਾਲਾ ਆਧਾਰ, ਪੰਜਾਬ ਦਾ ਵੋਟਰ ਆਈਡੀ ਅਤੇ ਬੈਂਕ ਪਾਸਬੁੱਕ ਸ਼ਾਮਲ ਹੈ। ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਦੇ ਮਾਮਲੇ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਵੀ ਜ਼ਰੂਰੀ ਹੈ।” ਜਾਤੀ ਸਰਟੀਫਿਕੇਟ ਦੀ ਘਾਟ ਵਾਲੀਆਂ ਔਰਤਾਂ ਦੀਆਂ ਚਿੰਤਾਵਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਜਾਣਦਾ ਹਾਂ ਕਿ ਮੇਰੀਆਂ ਬਹੁਤ ਸਾਰੀਆਂ ਅਨੁਸੂਚਿਤ ਜਾਤੀਆਂ ਦੀਆਂ ਭੈਣਾਂ ਅਤੇ ਮਾਵਾਂ ਕੋਲ ਜਾਤੀ ਸਰਟੀਫਿਕੇਟ ਨਹੀਂ ਹੈ ਪਰ ਉਨ੍ਹਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ ਅਤੇ ਉਨ੍ਹਾਂ ਨੂੰ ਆਪਣੇ ਜਾਤੀ ਸਰਟੀਫਿਕੇਟ ਲਈ ਅਪਲਾਈ ਕਰਨਾ ਚਾਹੀਦਾ ਹੈ।”

ਉਨ੍ਹਾਂ ਕਿਹਾ, “ਜੇਕਰ ਇਸ ਵਿੱਚ ਸਮਾਂ ਲੱਗ ਰਿਹਾ ਹੈ ਤਾਂ ਵੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਉਹ ਸਰਟੀਫਿਕੇਟ ਤੋਂ ਬਿਨਾਂ ਵੀ ਇਸ ਯੋਜਨਾ ਤਹਿਤ ਰਜਿਸਟਰ ਕਰ ਸਕਦੇ ਹਨ ਅਤੇ 1000 ਰੁਪਏ ਮਹੀਨਾਵਾਰ ਪ੍ਰਾਪਤ ਕਰਨਾ ਸ਼ੁਰੂ ਕਰ ਸਕਦੇ ਹਨ। ਜਦੋਂ ਵੀ ਉਨ੍ਹਾਂ ਦਾ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ ਤਾਂ ਸੂਬਾ ਸਰਕਾਰ ਉਨ੍ਹਾਂ ਨੂੰ ਜੁਲਾਈ ਤੋਂ 500 ਰੁਪਏ ਪ੍ਰਤੀ ਮਹੀਨਾ ਦੇ ਬਕਾਏ ਦਾ ਭੁਗਤਾਨ ਕਰੇਗੀ। ਇਸ ਸਬੰਧੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।”

ਮੁੱਖ ਮੰਤਰੀ ਨੇ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਇਕ ਪਹੁੰਚ ਵਿਧੀ ਦਾ ਐਲਾਨ ਕੀਤਾ। ਉਨ੍ਹਾਂ ਕਿਹਾ, "18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਦੀ 100 ਫੀਸਦ ਕਵਰੇਜ ਨੂੰ ਯਕੀਨੀ ਬਣਾਉਣ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਮਦਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਹਰ ਪਿੰਡ ਅਤੇ ਵਾਰਡ ਵਿੱਚ ਮਹਿਲਾ ਸਤਿਕਾਰ ਸਖੀਆਂ ਨੂੰ ਤਾਇਨਾਤ ਕੀਤਾ ਜਾਵੇਗਾ।"

ਮਹਿਲਾ ਸਤਿਕਾਰ ਸਖੀਆਂ ਦੀ ਭੂਮਿਕਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ, "ਮਹਿਲਾ ਸਤਿਕਾਰ ਸਖੀਆਂ ਲਾਭਪਾਤਰੀਆਂ ਦੇ ਘਰ ਜਾਣਗੀਆਂ ਅਤੇ ਉਨ੍ਹਾਂ ਨੂੰ ਯੋਜਨਾ ਦੇ ਲਾਭਾਂ ਬਾਰੇ ਦੱਸਣਗੀਆਂ, ਉਨ੍ਹਾਂ ਦੇ ਸਾਰੇ ਸ਼ੰਕੇ ਦੂਰ ਕਰਨਗੀਆਂ ਅਤੇ ਰਜਿਸਟ੍ਰੇਸ਼ਨ ਫਾਰਮ ਦੇਣਗੀਆਂ। ਉਹ ਲਾਭਪਾਤਰੀਆਂ ਨੂੰ ਮੁਕੰਮਲ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਨਾਲ-ਨਾਲ ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਜਾਣਕਾਰੀ ਦੇਣਗੀਆਂ ਅਤੇ ਉਨ੍ਹਾਂ ਦੇ ਸਾਰੇ ਸਵਾਲਾਂ ਅਤੇ ਸਮੱਸਿਆਵਾਂ ਦਾ ਹੱਲ ਕਰਨਗੀਆਂ।"

ਉਨ੍ਹਾਂ ਅੱਗੇ ਕਿਹਾ, “ਜੇਕਰ ਲਾਭਪਾਤਰੀ ਕੋਲ ਵੋਟਰ ਆਈਡੀ ਜਾਂ ਬੈਂਕ ਖਾਤੇ ਵਰਗਾ ਕੋਈ ਦਸਤਾਵੇਜ਼ ਨਹੀਂ ਹੈ ਤਾਂ ਇਹ ਸਖੀਆਂ ਉਨ੍ਹਾਂ ਨੂੰ ਇਹ ਦਸਤਾਵੇਜ਼ ਬਣਾਉਣ ਵਿੱਚ ਮਦਦ ਕਰਨਗੀਆਂ। ਮਹਿਲਾ ਸਤਿਕਾਰ ਸਖੀ ਉਨ੍ਹਾਂ ਦਾ ਹਰ ਕਦਮ 'ਤੇ ਮਾਰਗਦਰਸ਼ਨ ਕਰੇਗੀ।”

ਪਹੁੰਚ ਵਿੱਚ ਆਸਾਨੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਵਾਰ ਜਦੋਂ ਉਹ ਆਪਣਾ ਰਜਿਸਟ੍ਰੇਸ਼ਨ ਫਾਰਮ ਭਰ ਲੈਂਦੇ ਹਨ ਅਤੇ ਸਾਰੇ ਲੋੜੀਂਦੇ ਦਸਤਾਵੇਜ਼ ਤਿਆਰ ਹੋ ਜਾਂਦੇ ਹਨ ਤਾਂ ਉਹ ਆਪਣੇ ਨਜ਼ਦੀਕੀ ਰਜਿਸਟ੍ਰੇਸ਼ਨ ਕੇਂਦਰ 'ਤੇ ਜਾ ਸਕਦੇ ਹਨ ਅਤੇ ਉੱਥੇ ਫਾਰਮ ਜਮ੍ਹਾਂ ਕਰਵਾ ਸਕਦੇ ਹਨ।” ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਵਿਆਪਕ ਬੁਨਿਆਦੀ ਢਾਂਚਾ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ, “ਇਹ ਯਕੀਨੀ ਬਣਾਉਣ ਲਈ ਕਿ ਔਰਤਾਂ ਨੂੰ ਰਜਿਸਟ੍ਰੇਸ਼ਨ ਵਿੱਚ ਕੋਈ ਮੁਸ਼ਕਲ ਨਾ ਆਵੇ, ਪੰਜਾਬ ਸਰਕਾਰ ਵੱਲੋਂ 26,000 ਤੋਂ ਵੱਧ ਥਾਵਾਂ 'ਤੇ ਰਜਿਸਟ੍ਰੇਸ਼ਨ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ, ਜਿਸ ਵਿੱਚ ਸਾਰੇ ਆਂਗਣਵਾੜੀ ਕੇਂਦਰ, ਸਾਰੇ ਸੇਵਾ ਕੇਂਦਰ ਅਤੇ ਸ਼ਹਿਰੀ ਖੇਤਰਾਂ ਵਿੱਚ ਸਾਰੇ ਨਗਰ ਨਿਗਮ/ਕਮੇਟੀ ਦਫ਼ਤਰ ਸ਼ਾਮਲ ਹਨ।”

ਇਸ ਸਕੀਮ ਦੇ ਲਾਭਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਯੋਜਨਾ ਹਰ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਦਾ ਨਕਦ ਲਾਭ ਯਕੀਨੀ ਬਣਾਏਗੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਯੋਜਨਾ ਔਰਤਾਂ ਨੂੰ ਸੁਤੰਤਰ ਅਤੇ ਸਸ਼ਕਤ ਬਣਾ ਕੇ ਉਨ੍ਹਾਂ ਦੇ ਵਿਕਾਸ 'ਤੇ ਮਹੱਤਵਪੂਰਨ ਪ੍ਰਭਾਵ ਪਾਵੇਗੀ।”

ਵਿਆਪਕ ਸਮਾਜਿਕ-ਆਰਥਿਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਇਹ ਮਹਿਲਾਵਾਂ ਨੂੰ ਵਿਕਲਪ ਦੇਵੇਗੀ ਅਤੇ ਵਿੱਤੀ ਸਾਖਰਤਾ ਨਾਲ ਜੋੜਦਿਆਂ ਬੱਚਤ, ਕਿਫ਼ਾਇਤੀ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰੇਗੀ ਅਤੇ ਉਨ੍ਹਾਂ ਨੂੰ ਛੋਟੀਆਂ ਇੱਛਾਵਾਂ ਨੂੰ ਪੂਰਾ ਕਰਨ ਵਿੱਚ ਸਮਰੱਥ ਬਣਾਏਗੀ।” ਮੌਜੂਦਾ ਪਾੜੇ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਨੇ ਪਹਿਲਾਂ ਹੀ ਸਮਾਜਿਕ ਭਲਾਈ ਅਤੇ ਮਨੁੱਖੀ ਵਿਕਾਸ ਸੂਚਕਾਂ ਵਿੱਚ ਕਾਫ਼ੀ ਤਰੱਕੀ ਕੀਤੀ ਹੈ। ਹਾਲਾਂਕਿ ਸੂਬੇ ਭਰ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ, ਖਾਸ ਕਰਕੇ ਆਰਥਿਕ ਤੌਰ 'ਤੇ ਕਮਜ਼ੋਰ ਘਰਾਂ ਲਈ ਸੁਤੰਤਰ ਵਿੱਤੀ ਸੁਰੱਖਿਆ ਦੀ ਘਾਟ ਹੈ।”

ਆਰਥਿਕ ਖੁਦਮੁਖਤਿਆਰੀ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਘਰੇਲੂ ਭਲਾਈ ਨੂੰ ਬਿਹਤਰ ਬਣਾਉਣ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲਾ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਔਰਤਾਂ ਦੀ ਵਿੱਤੀ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ।”

ਉਨ੍ਹਾਂ ਨੇ ਇਸ ਪਹਿਲਕਦਮੀ ਦੇ ਪੈਮਾਨੇ 'ਤੇ ਹੋਰ ਜ਼ੋਰ ਦਿੰਦਿਆਂ ਕਿਹਾ, "ਇਸ ਯੋਜਨਾ ਤਹਿਤ ਔਰਤਾਂ ਦੇ ਕੁਝ ਸੀਮਤ ਵਰਗ ਨੂੰ ਛੱਡ ਕੇ ਲਗਭਗ ਉਨ੍ਹਾਂ ਸਾਰੀਆਂ ਮਹਿਲਾਵਾਂ ਨੂੰ ਕਵਰ ਕੀਤਾ ਜਾਵੇਗਾ, ਜੋ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਹਨ। ਇਸ ਲਈ ਇਸ ਯੋਜਨਾ ਤੋਂ 97 ਫ਼ੀਸਦ ਤੋਂ ਵੱਧ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜੋ ਇਸਨੂੰ ਦੇਸ਼ ਵਿੱਚ ਸਭ ਤੋਂ ਵਿਆਪਕ ਮਹਿਲਾ-ਪੱਖੀ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਬਣਾਉਂਦੀ ਹੈ।"

ਇਸ ਨੂੰ ਇੱਕ ਪਰਿਵਰਤਨਸ਼ੀਲ ਦਖਲਅੰਦਾਜ਼ੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਯੋਜਨਾ ਰਾਜ ਭਰ ਵਿੱਚ ਔਰਤਾਂ ਨੂੰ ਸਿੱਧੀ ਆਰਥਿਕ ਸਹਾਇਤਾ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਦਰਸਾਉਂਦੀ ਹੈ ਅਤੇ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ ਕਿ ਔਰਤਾਂ ਦੇ ਸ਼ਕਤੀਕਰਨ ਨੂੰ ਠੋਸ ਵਿੱਤੀ ਆਜ਼ਾਦੀ ਵਿੱਚ ਬਦਲਣਾ ਚਾਹੀਦਾ ਹੈ।”

ਯੋਗਤਾ ਸਪੱਸ਼ਟ ਕਰਦਿਆਂ ਉਨ੍ਹਾਂ ਅੱਗੇ ਕਿਹਾ, “18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹਰ ਔਰਤ, ਜੋ ਰਾਜ ਵਿੱਚ ਵੋਟਰ ਵਜੋਂ ਰਜਿਸਟਰਡ ਹੈ ਅਤੇ ਜਿਸ ਕੋਲ ਪੰਜਾਬ ਦੀ ਰਿਹਾਇਸ਼ ਨੂੰ ਦਰਸਾਉਂਦਾ ਇੱਕ ਪ੍ਰਮਾਣਿਕ ਆਧਾਰ ਕਾਰਡ ਹੈ ਅਤੇ ਭਾਰਤ ਚੋਣ ਕਮਿਸ਼ਨ ਦੁਆਰਾ ਜਾਰੀ ਕੀਤਾ ਗਿਆ ਪੰਜਾਬ ਦਾ ਇੱਕ ਪ੍ਰਮਾਣਿਕ ਵੋਟਰ ਆਈਡੀ ਹੈ, ਉਹ ਇਸ ਯੋਜਨਾ ਤਹਿਤ ਲਾਭਪਾਤਰੀ ਵਜੋਂ ਰਜਿਸਟਰ ਹੋਣ ਦੇ ਯੋਗ ਹੋਵੇਗੀ।”

ਵਿੱਤੀ ਵਚਨਬੱਧਤਾ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿੱਤੀ ਸਾਲ 2026-27 ਦੇ ਬਜਟ ਵਿੱਚ 9300 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਮਨਜ਼ੂਰ ਕੀਤੀ ਜਾ ਚੁੱਕੀ ਹੈ ਅਤੇ ਯੋਜਨਾ ਦੇ ਪੈਮਾਨੇ ਅਤੇ ਪਹੁੰਚ ਨੂੰ ਦੇਖਦਿਆਂ ਇਹ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਸਭ ਤੋਂ ਵੱਡੀਆਂ ਮਹਿਲਾ-ਕੇਂਦ੍ਰਿਤ ਸਮਾਜ ਭਲਾਈ ਪਹਿਲਕਦਮੀਆਂ ਵਿੱਚੋਂ ਇੱਕ ਬਣਨ ਦੀ ਉਮੀਦ ਹੈ।”

ਇਸ ਪਹਿਲਕਦਮੀ ਦੇ ਪਿੱਛੇ ਪ੍ਰੇਰਨਾ ਨੂੰ ਦੁਹਰਾਉਂਦਿਆਂ ਉਨ੍ਹਾਂ ਸਿੱਟਾ ਕੱਢਿਆ, "ਇਹ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਨੂੰ ਨਿਮਰ ਸ਼ਰਧਾਂਜਲੀ ਹੈ, ਜੋ ਔਰਤਾਂ ਨੂੰ ਸਸ਼ਕਤ ਬਣਾ ਕੇ ਅਤੇ ਉਨ੍ਹਾਂ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਉਨ੍ਹਾਂ ਦੇ ਵਿਕਾਸ ਦੇ ਸਮਰਥਕ ਸਨ।"

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ ਲਾਭਪਾਤਰੀਆਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਸੌਂਪੇ ਜਿਨ੍ਹਾਂ ਵਿੱਚ ਹਰਬੰਸ ਕੌਰ, ਦੀਕਸ਼ਾ ਅਤੇ ਸਿਮਰਨ ਸ਼ਾਮਲ ਹਨ। ਲਾਭਪਾਤਰੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ ਕਾਫ਼ੀ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ, "ਇਹ ਅਹਿਮ ਪਹਿਲ ਸਾਡੇ ਵਿਕਾਸ ਵਿੱਚ ਵਿਸ਼ੇਸ਼ ਭੂਮਿਕਾ ਨਿਭਾਏਗੀ ਅਤੇ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਬਾਰੇ ਸੋਚਿਆ ਹੈ।"

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈਟੀਓ ਅਤੇ ਮੋਹਿੰਦਰ ਭਗਤ, ਸੀਨੀਅਰ 'ਆਪ' ਨੇਤਾ ਮਨੀਸ਼ ਸਿਸੋਦੀਆ, ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂ ਅਤੇ ਹੋਰ ਸ਼ਾਮਲ ਸਨ।

*ਸੂਬੇ ਵਿੱਚ ਲਗਭਗ ਸਾਰੀਆਂ ਮਹਿਲਾਵਾਂ ਦੇ ਸ਼ਕਤੀਕਰਨ ਲਈ 1000–1500 ਰੁਪਏ ਲਈ ਮਹੀਨਾਵਾਰ ਸਹਾਇਤਾ ਦੀ ਸ਼ੁਰੂਆਤ, ਰਜਿਸਟ੍ਰੇਸ਼ਨ ਲਈ 26,000 ਕੇਂਦਰ ਸਥਾਪਤ*

ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ 'ਤੇ 14 ਅਪ੍ਰੈਲ, 2026 ਨੂੰ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰ ਯੋਜਨਾ, ਪੰਜਾਬ ਸਰਕਾਰ ਦੀ ਇੱਕ ਵੱਡੀ ਮਹਿਲਾ-ਕੇਂਦ੍ਰਿਤ ਭਲਾਈ ਪਹਿਲਕਦਮੀ ਹੈ ਜਿਸਦਾ ਉਦੇਸ਼ ਔਰਤਾਂ ਲਈ ਵਿੱਤੀ ਸੁਤੰਤਰਤਾ ਯਕੀਨੀ ਬਣਾਉਣਾ ਹੈ। ਲਾਭਪਾਤਰੀਆਂ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਆਦਮਪੁਰ, ਮਲੋਟ, ਸ੍ਰੀ ਅਨੰਦਪੁਰ ਸਾਹਿਬ, ਦਿੜ੍ਹਬਾ, ਸੁਨਾਮ, ਮੋਗਾ, ਕੋਟਕਪੂਰਾ, ਬਟਾਲਾ ਅਤੇ ਪਟਿਆਲਾ ਦਿਹਾਤੀ ਸਮੇਤ ਨੌਂ ਹਲਕਿਆਂ ਵਿੱਚ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਹੋਵੇਗੀ, ਜਦੋਂ ਕਿ ਬਾਕੀ 108 ਹਲਕਿਆਂ ਵਿੱਚ ਰਜਿਸਟ੍ਰੇਸ਼ਨ 15 ਮਈ ਤੋਂ ਸ਼ੁਰੂ ਹੋਵੇਗੀ।

ਇਸ ਯੋਜਨਾ ਤਹਿਤ, ਜਨਰਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਮਿਲਣਗੇ, ਜਦੋਂ ਕਿ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਮਿਲਣਗੇ, ਜਿਸ ਦੀ ਅਦਾਇਗੀ ਜੁਲਾਈ 2026 ਤੋਂ ਸ਼ੁਰੂ ਹੋਣੀ ਹੈ। ਇਸ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੋਈ ਸਮਾਂ ਸੀਮਾ ਨਹੀਂ ਹੈ ਅਤੇ ਸਾਰੀਆਂ ਯੋਗ ਔਰਤਾਂ ਨੂੰ ਜੁਲਾਈ ਤੋਂ ਬਾਅਦ ਪੂਰੀ ਅਦਾਇਗੀ ਕੀਤੀ ਜਾਵੇਗੀ, ਭਾਵੇਂ ਉਨ੍ਹਾਂ ਨੇ ਰਜਿਸਟ੍ਰੇਸ਼ਨ ਦੇਰੀ ਨਾਲ ਹੀ ਕਰਵਾਈ ਹੋਵੇ।

ਰਜਿਸਟ੍ਰੇਸ਼ਨ ਲਈ ਸਿਰਫ਼ ਤਿੰਨ ਮੁੱਢਲੇ ਦਸਤਾਵੇਜ਼ਾਂ ਦੀ ਲੋੜ

ਪੰਜਾਬ ਦੇ ਪਤੇ ਵਾਲਾ ਆਧਾਰ ਕਾਰਡ, ਪੰਜਾਬ ਵੋਟਰ ਆਈਡੀ ਅਤੇ ਬੈਂਕ ਪਾਸਬੁੱਕ। ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ ਇੱਕ ਅਨੁਸੂਚਿਤ ਜਾਤੀ ਸਰਟੀਫਿਕੇਟ ਜਮ੍ਹਾ ਕਰਨ ਦੀ ਵੀ ਲੋੜ ਹੈ; ਹਾਲਾਂਕਿ, ਜਿਨ੍ਹਾਂ ਕੋਲ ਇਸ ਸਮੇਂ ਸਰਟੀਫਿਕੇਟ ਨਹੀਂ ਹੈ, ਉਹ ਅਜੇ ਵੀ ਰਜਿਸਟਰ ਕਰ ਸਕਦੀਆਂ ਹਨ ਅਤੇ ਪ੍ਰਤੀ ਮਹੀਨਾ 1000 ਰੁਪਏ ਪ੍ਰਾਪਤ ਕਰਨਾ ਸ਼ੁਰੂ ਕਰ ਸਕਦੀਆਂ ਹਨ, ਬਾਕੀ 500 ਰੁਪਏ ਸਰਟੀਫਿਕੇਟ ਜਮ੍ਹਾ ਹੋਣ ਤੋਂ ਬਾਅਦ ਅਦਾ ਕੀਤੇ ਜਾਣਗੇ।

ਵਿਆਪਕ ਕਵਰੇਜ ਅਤੇ ਸੁਖਾਲੀ ਪਹੁੰਚ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਘਰ-ਘਰ ਸਹਾਇਤਾ ਪ੍ਰਦਾਨ ਕਰਨ, ਯੋਜਨਾ ਬਾਰੇ ਮੁਕੰਮਲ ਜਾਣਕਾਰੀ ਦੇਣ ਅਤੇ ਲਾਭਪਾਤਰੀਆਂ ਦੇ ਦਸਤਾਵੇਜ਼ਾਂ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਵਾਸਤੇ ਹਰ ਪਿੰਡ ਅਤੇ ਵਾਰਡ ਵਿੱਚ ਮਹਿਲਾ ਸਤਿਕਾਰ ਸਖੀਆਂ ਤਾਇਨਾਤ ਕਰੇਗੀ। ਪੰਜਾਬ ਭਰ ਦੇ 26,000 ਤੋਂ ਵੱਧ ਕੇਂਦਰਾਂ 'ਤੇ ਰਜਿਸਟ੍ਰੇਸ਼ਨ ਪੂਰੀ ਕੀਤੀ ਜਾ ਸਕੇਗੀ, ਜਿਸ ਵਿੱਚ ਆਂਗਣਵਾੜੀ ਕੇਂਦਰ, ਸੇਵਾ ਕੇਂਦਰ ਅਤੇ ਸ਼ਹਿਰੀ ਖੇਤਰਾਂ ਵਿੱਚ ਨਗਰ ਨਿਗਮ ਦਫ਼ਤਰ ਸ਼ਾਮਲ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਔਰਤਾਂ ਨੂੰ ਯੋਜਨਾ ਦਾ ਲਾਭ ਲੈਣ ਵਿੱਚ ਕੋਈ ਦਿੱਕਤ ਨਾ ਆਵੇ।    
------------ 

ਐਡਵੋਕੇਟ ਧਾਮੀ ਨੇ ਕਿਹਾ : ਬਿੱਲ ਪਾਸ ਹੋਣਾ ਕਾਫੀ ਨਹੀਂ, ਇਸ ਨੂੰ ਲਾਗੂ ਕਰਵਾਉਣਾ ਵੱਡਾ ਸਵਾਲ
ਸ੍ਰੀ ਅੰਮਿ੍ਰਤਸਰ/ਬਿਊਰੋ ਨਿਊਜ਼  
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਲਿਆਂਦੇ ਗਏ ਬਿੱਲ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੱਤੀ ਹੈ। ਧਾਮੀ ਨੇ ਕਿਹਾ ਕਿ ਇਸ ਗੰਭੀਰ ਮਾਮਲੇ ’ਤੇ ਸਿੱਖ ਕੌਮ ਚਿਰਾਂ ਤੋਂ ਨਿਰਣਾਇਕ ਫੈਸਲੇ ਦੀ ਮੰਗ ਕਰਦੀ ਆ ਰਹੀ ਹੈ, ਪਰ ਅਜੇ ਤੱਕ ਕੋਈ ਵੀ ਸਿੱਟਾ ਸਾਹਮਣੇ ਨਹੀਂ ਆ ਸਕਿਆ। ਉਨ੍ਹਾਂ ਆਖਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਇਸ ਸਬੰਧੀ ਬਿੱਲ ਪਾਸ ਕਰਨਾ ਇੱਕ ਸਕਾਰਾਤਮਕ ਕਦਮ ਜ਼ਰੂਰ ਹੈ, ਪਰ ਸਿਰਫ ਬਿੱਲ ਪਾਸ ਕਰ ਦੇਣਾ ਹੀ ਕਾਫੀ ਨਹੀਂ। ਉਨ੍ਹਾਂ ਕਿਹਾ ਕਿ ਅਸਲ ਸਵਾਲ ਤਾਂ ਇਸ ਨੂੰ ਲਾਗੂ ਕਰਵਾਉਣ ਦਾ ਹੈ। ਧਾਮੀ ਨੇ ਕਿਹਾ ਕਿ ਬਿੱਲ ਪਾਸ ਕਰਨ ਦੀ ਪ੍ਰਕਿਰਿਆ ਤਾਂ ਪਹਿਲੀਆਂ ਸਰਕਾਰਾਂ ਸਮੇਂ ਵੀ ਦੋ ਵਾਰ ਪੂਰੀ ਹੋ ਚੁੱਕੀ ਹੈ। ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਸਰਕਾਰ ਸ਼ੋਸ਼ਲ ਮੀਡੀਆ ਉਤੇ ਏਆਈ ਤਕਨੀਕ ਨਾਲ ਸਿੱਖ ਭਾਵਨਾਵਾਂ ਨਾਲ ਹੁੰਦੇ ਖਿਲਵਾੜ ਅਤੇ ਪਾਵਨ ਗੁਰਬਾਣੀ ਤੇ ਗੁਰਧਾਮਾਂ ਦੀ ਬੇਅਦਬੀ ਦੇ ਰੁਝਾਨ ਪ੍ਰਤੀ ਵੀ ਸੰਜੀਦਾ ਹੋਵੇ।

ਚੰਡੀਗੜ੍ਹ 14 ਅਪ੍ਰੈਲ 2026: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਅਤੇ ਕੋਠੇ ਗੱਜਣ ਸਿੰਘ ਵਿੱਚ ਅੱਗ ਲੱਗਣ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਐਸਡੀਐਮ ਕੋਟਕਪੂਰਾ ਨੂੰ ਤੁਰੰਤ ਨੁਕਸਾਨ ਦੀ ਰਿਪੋਰਟ ਭੇਜਣ ਅਤੇ ਮੁਆਵਜ਼ਾ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪਿੰਡ ਸੰਧਵਾਂ ਵਿੱਚ ਲਗਭਗ 8 ਏਕੜ ਕਣਕ ਦੀ ਫ਼ਸਲ ਅਤੇ ਕੋਠੇ ਗੱਜਣ ਸਿੰਘ ਵਿੱਚ ਲਗਭਗ 10 ਏਕੜ ਕਣਕ ਦੀ ਫ਼ਸਲ ਅੱਗ ਲੱਗਣ ਕਾਰਨ ਤਬਾਹ ਹੋ ਗਈ।

ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਮੁਕੰਮਲ ਹੋਣ ਤੱਕ ਪੂਰੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਧਦੇ ਤਾਪਮਾਨ ਕਾਰਨ ਤੇਜ਼ ਹਵਾਵਾਂ ਚੱਲਣ, ਬਿਜਲੀ ਦੇ ਸ਼ਾਰਟ ਸਰਕਟ ਜਾਂ ਮਜ਼ਦੂਰਾਂ ਵੱਲੋਂ ਵਰਤੀਆਂ ਜਾਂਦੀਆਂ ਬੀੜੀਆਂ-ਸਿਗਰਟਾਂ ਅਜਿਹੀਆਂ ਘਟਨਾਵਾਂ ਦੇ ਮੁੱਖ ਕਾਰਨ ਹਨ।

ਉਨ੍ਹਾਂ ਅੱਗੇ ਕਿਹਾ ਕਿ ਸੜਕਾਂ ਕੱਚੀਆਂ ਹੋਣ ਕਾਰਨ ਮੌਕੇ 'ਤੇ ਸਹਾਇਤਾ ਪਹੁੰਚਣ ਵਿੱਚ ਦੇਰੀ ਹੋ ਸਕਦੀ ਹੈ ਇਸ ਲਈ ਪਿੰਡ ਪੱਧਰ 'ਤੇ ਪਹਿਲਾਂ ਤੋਂ ਤਿਆਰ ਰਹਿਣਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹੇਠ ਲਿਖੀਆਂ ਸਾਵਧਾਨੀਆਂ ਵਰਤਣ:

ਟਰਾਂਸਫਾਰਮਰ ਦੇ ਨੇੜੇ ਵਾਲੀ ਕਣਕ ਦੀ ਵਾਢੀ ਪਹਿਲਾਂ ਹੀ ਕਰ ਲਈ ਜਾਵੇ।

ਜੇਕਰ ਪਾਣੀ ਦੀ ਲੋੜ ਨਾ ਹੋਵੇ ਤਾਂ ਟ੍ਰਾਂਸਫਾਰਮਰ ਸਵਿੱਚ ਬੰਦ ਰੱਖਿਆ ਜਾਵੇ।

ਖੇਤਾਂ ਵਿੱਚ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਈ ਜਾਵੇ ਅਤੇ ਟੋਇਆਂ ਵਿੱਚ ਪਾਣੀ ਖੜ੍ਹਾ ਰੱਖਿਆ ਜਾਵੇ।

ਟੈਂਕਾਂ ਨੂੰ ਪਾਣੀ ਨਾਲ ਭਰ ਕੇ ਸਾਂਝੀਆਂ ਥਾਵਾਂ 'ਤੇ ਰੱਖਿਆ ਜਾਣਾ ਚਾਹੀਦਾ ਹੈ ਅਤੇ ਪਾਈਪਾਂ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।

ਵੱਡੇ ਸਪਰੇਅ ਪੰਪ ਤਿਆਰ ਰੱਖੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਦੇ ਸੰਪਰਕ ਨੰਬਰ ਸਾਂਝੇ ਕੀਤੇ ਜਾਣੇ ਚਾਹੀਦੇ ਹਨ।

ਛੋਟੇ ਸਪਰੇਅ ਪੰਪ ਵੀ ਤਿਆਰ ਰੱਖੇ ਜਾਣੇ ਚਾਹੀਦੇ ਹਨ ਅਤੇ ਪਾਣੀ ਅਤੇ ਪੈਟਰੋਲ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।

ਅੱਗ ਬੁਝਾਊ ਯੰਤਰ ਸਾਂਝੇ ਤੌਰ 'ਤੇ ਖਰੀਦੇ ਜਾਣੇ ਚਾਹੀਦੇ ਹਨ।

ਮਜ਼ਦੂਰਾਂ ਨੂੰ ਅੱਗ ਦੀ ਵਰਤੋਂ ਕਰਦੇ ਸਮੇਂ ਸਾਵਧਾਨ ਰਹਿਣ ਲਈ ਕਿਹਾ ਜਾਣਾ ਚਾਹੀਦਾ ਹੈ।

ਅੱਗ ਬੁਝਾਉਣ ਲਈ ਪਿੰਡ ਦੇ ਨੌਜਵਾਨਾਂ ਦੀ ਇੱਕ ਟੀਮ ਨੂੰ ਤਿਆਰ ਰੱਖਿਆ ਜਾਣਾ ਚਾਹੀਦਾ ਹੈ।

ਖੇਤਾਂ ਵਿੱਚ ਹਲ ਰੱਖਣੇ ਚਾਹੀਦੇ ਹਨ ਤਾਂ ਜੋ ਲੋੜ ਪੈਣ 'ਤੇ ਇਸਦੀ ਤੁਰੰਤ ਵਰਤੋਂ ਕੀਤੀ ਜਾ ਸਕੇ।

ਹਰੇਕ ਕਿਸਾਨ ਕੋਲ ਲੋੜੀਂਦੇ ਸੰਪਰਕ ਨੰਬਰ (ਗੁਰਦੁਆਰਾ ਸਾਹਿਬ, ਬਿਜਲੀ ਗਰਿੱਡ ਆਦਿ) ਹੋਣੇ ਚਾਹੀਦੇ ਹਨ।

ਇਨ੍ਹਾਂ ਦਿਨਾਂ ਦੌਰਾਨ, ਸ਼ਰਾਬ ਆਦਿ ਤੋਂ ਦੂਰ ਰਹਿਣਾ ਚਾਹੀਦਾ ਹੈ ਤਾਂ ਜੋ ਕਿਸਾਨ ਹਰ ਸਮੇਂ ਸੁਚੇਤ ਰਹਿ ਸਕਣ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਇਹ ਸਾਵਧਾਨੀਆਂ ਵਰਤੀਆਂ ਜਾਣ ਤਾਂ ਫਸਲ ਨੂੰ ਅੱਗ ਵਰਗੀਆਂ ਘਟਨਾਵਾਂ ਤੋਂ ਕਾਫ਼ੀ ਹੱਦ ਤੱਕ ਬਚਾਇਆ ਜਾ ਸਕਦਾ ਹੈ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ ਅੱਜ ਸਰਬਸੰਮਤੀ ਨਾਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਪਾਸ ਕਰ ਦਿੱਤਾ, ਜਿਸ ਨਾਲ ਗੁਰੂ ਸਾਹਿਬ ਦੀ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਫੈਸਲਾਕੁਨ ਕਦਮ ਤਹਿਤ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਹੈ, ਜਿਸ ਨਾਲ ਬੇਅਦਬੀ ਨਾਲ ਨਜਿੱਠਣ ਲਈ ਦੇਸ਼ ਦੇ ਸਭ ਤੋਂ ਸਖ਼ਤ ਕਾਨੂੰਨਾਂ ਵਿੱਚੋਂ ਇਕ ਬਣਾਇਆ ਗਿਆ ਹੈ।

ਇਸ ਕਾਨੂੰਨ ਨੂੰ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਵਿੱਚ ਇਤਿਹਾਸਕ ਸੁਧਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਪੁਸ਼ਟੀ ਕੀਤੀ ਕਿ ਨਵਾਂ ਕਾਨੂੰਨ ਪਿਛਲੀਆਂ ਸਰਕਾਰਾਂ ਦੀਆਂ ਕਮੀਆਂ ਨੂੰ ਦੂਰ ਕਰਨ ਦੇ ਨਾਲ-ਨਾਲ ਤੇਜ਼ੀ ਨਾਲ ਜਾਂਚ ਯਕੀਨੀ ਬਣਾਉਂਦਾ ਹੈ, ਅਪਰਾਧਾਂ ਨੂੰ ਗੈਰ-ਜ਼ਮਾਨਤੀ ਬਣਾਉਂਦਾ ਹੈ ਅਤੇ ਪੰਜ ਸਾਲ ਤੋਂ ਲੈ ਕੇ ਉਮਰ ਕੈਦ ਤੱਕ ਸਖ਼ਤ ਸਜ਼ਾਵਾਂ ਦੇ ਨਾਲ-ਨਾਲ 20 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਕਰਦਾ ਹੈ, ਜਦੋਂ ਕਿ ਬੇਅਦਬੀ ਵਿੱਚ ਸਹਾਇਤਾ ਕਰਨ ਵਾਲਿਆਂ ਨੂੰ ਵੀ ਬਰਾਬਰ ਜਵਾਬਦੇਹ ਬਣਾਉਂਦਾ ਹੈ।

ਪਿਛਲੀਆਂ ਸਰਕਾਰਾਂ ਨਾਲ ਤੁਲਨਾ ਕਰਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਅਕਾਲੀ-ਭਾਜਪਾ ਅਤੇ ਕਾਂਗਰਸ ਗੁਰੂ ਸਾਹਿਬ ਦੇ ਨਾਮ `ਤੇ ਵੋਟਾਂ ਮੰਗਦੇ ਸਨ, ਉੱਥੇ ਇਹ ‘ਆਪ` ਸਰਕਾਰ ਹੈ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਠੋਸ ਕਦਮ ਚੁੱਕੇ ਹਨ ਅਤੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਵੀ ਦੁਬਾਰਾ ਅਜਿਹੇ ਅਪਰਾਧ ਕਰਨ ਦੀ ਹਿੰਮਤ ਨਾ ਕਰੇ।

ਬਹਿਸ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਅਜ਼ੀਮ ਸਦਨ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਹ ਬਿੱਲ ਭਵਿੱਖ ਵਿੱਚ ਬੇਅਦਬੀ ਦੇ ਅੰਤ ਨੂੰ ਦਰਸਾਉਂਦਾ ਹੈ ਕਿਉਂਕਿ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਅਜਿਹੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਹੋਣ ਦੀ ਹਿੰਮਤ ਨਹੀਂ ਕਰੇਗਾ।"

ਮੁੱਖ ਮੰਤਰੀ ਨੇ ਕਿਹਾ, “ਪਿਛਲੇ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਿਨਾਉਣੀਆਂ ਕਾਰਵਾਈਆਂ ਸੂਬੇ ਵਿੱਚ ਸਖ਼ਤ ਮਿਹਨਤ ਨਾਲ ਬਣਾਈ ਸ਼ਾਂਤੀ, ਸਦਭਾਵਨਾ, ਭਾਈਚਾਰਾ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਸੀ। ਅਜਿਹਾ ‘ਅਣਮਨੁੱਖੀ ਅਤੇ ਘਿਨਾਉਣਾ ਕਾਰਾ` ਮਨੁੱਖਤਾ ਵਿਰੁੱਧ ਪਾਪ ਸੀ, ਜੋ ਮੁੱਠੀ ਭਰ ਸਮਾਜ ਵਿਰੋਧੀ ਅਨਸਰਾਂ ਦੁਆਰਾ ਕੀਤਾ ਗਿਆ ਸੀ, ਜੋ ਸੂਬੇ ਵਿੱਚ ਸ਼ਾਂਤੀ, ਸਦਭਾਵਨਾ, ਭਾਈਚਾਰਾ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਤਿਆਰ ਸਨ। ਇਹ ਕਾਨੂੰਨ ਯਕੀਨੀ ਬਣਾਏਗਾ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ `ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਦੂਜਿਆਂ ਲਈ ਮਿਸਾਲ ਬਣੇਗਾ।”

ਉਨ੍ਹਾਂ ਅੱਗੇ ਕਿਹਾ, “ਪੰਜਾਬੀਆਂ ਨੇ ਹਮੇਸ਼ਾ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰੇ ਦੇ ਸਿਧਾਂਤਾਂ ਨੂੰ ਕਾਇਮ ਰੱਖਿਆ ਹੈ ਅਤੇ ਕੋਈ ਵੀ ਸੂਬੇ ਦੇ ਡੂੰਘੇ ਸਮਾਜਿਕ ਤਾਣੇ-ਬਾਣੇ ਨੂੰ ਕਦੇ ਵੀ ਤਬਾਹ ਨਹੀਂ ਕਰ ਸਕੇਗਾ। ਹਰ ਕੀਮਤ `ਤੇ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਦ੍ਰਿੜ੍ਹ ਇਰਾਦਾ ਰੱਖਦੇ ਹੋਏ ਸਾਡੀ ਸਰਕਾਰ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰ ਦੇਵੇਗੀ, ਜੋ ਸੂਬੇ ਦੀ ਭਾਈਚਾਰਕ ਸਾਂਝ, ਤਰੱਕੀ ਅਤੇ ਖ਼ੁਸ਼ਹਾਲੀ ਲਈ ਖ਼ਤਰਾ ਪੈਦਾ ਕਰ ਸਕਦੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਹਨ ਅਤੇ ਸੂਬਾ ਸਰਕਾਰ ਇਸ ਪਵਿੱਤਰ ਗ੍ਰੰਥ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।”

ਕਾਨੂੰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਪੰਜਾਬ ਵਿੱਚ ਸੁਰੱਖਿਅਤ ਨਹੀਂ ਤਾਂ ਫਿਰ ਹੋਰ ਕਿਤੇ ਨਹੀਂ ਹੋ ਸਕਦੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਹ ਐਕਟ ਬੇਅਦਬੀਆਂ ਨੂੰ ਰੋਕਣ ਲਈ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਸ਼ਵਵਿਆਪੀ ਭਾਈਚਾਰੇ, ਧਰਮ ਨਿਰਪੱਖਤਾ ਅਤੇ ਸਮਾਜਵਾਦੀ ਕਦਰਾਂ-ਕੀਮਤਾਂ ਦਾ ਖ਼ਜ਼ਾਨਾ ਹਨ, ਜਿਨ੍ਹਾਂ ਤੋਂ ਮਨੁੱਖਤਾ ਨੂੰ ਸੇਧ ਮਿਲਦੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਦੇਸ਼ ਅਤੇ ਫਲਸਫ਼ਾ ਮਨੁੱਖਤਾ ਨੂੰ ਆਪਸੀ ਸਦਭਾਵਨਾ, ਏਕਤਾ, ਸ਼ਾਂਤੀ ਅਤੇ ਦਇਆ-ਭਾਵਨਾ ਦਾ ਮਾਰਗ ਦਿਖਾਉਂਦਾ ਹੈ, ਜੋ ਦੁਨੀਆ ਭਰ ਵਿੱਚ ਪ੍ਰਸੰਗਿਕ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਧਿਆਤਮਿਕ ਮਹੱਤਵ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਰੋਜ਼ਾਨਾ ਜੀਵਨ ਵਿੱਚ ਪ੍ਰੇਰਨਾ, ਮਾਰਗਦਰਸ਼ਨ ਅਤੇ ਸ਼ਾਂਤੀ ਦਾ ਸਦੀਵੀ ਸਰੋਤ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਸਾਨੂੰ ਹਮੇਸ਼ਾ ਧਰਮ ਅਤੇ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਸਾਨੂੰ ਕੁਰਬਾਨੀ ਦੇਣ ਅਤੇ ਦੂਜਿਆਂ ਨੂੰ ਮਾਫ਼ ਕਰਨਾ ਸਿਖਾਇਆ ਹੈ ਅਤੇ ਸਾਡੇ ਵਿੱਚ ਪਿਆਰ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਪੈਦਾ ਕੀਤੀਆਂ ਹਨ। ਸਾਡੇ ਵਿੱਚੋਂ ਹਰ ਕਿਸੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪ੍ਰੇਰਨਾ ਲਈ ਹੈ, ਜੋ ਸਾਨੂੰ ਨਿੱਤਨੇਮ ਨਾਲ ਸਮਾਨਤਾ, ਹੱਕ-ਸੱਚ, ਧਰਮ ਅਤੇ ਇਨਸਾਫ਼ ਦੇ ਮਾਰਗ ‘ਤੇ ਚੱਲਣ ਲਈ ਹਮੇਸ਼ਾ ਪ੍ਰੇਰਿਤ ਕਰਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਨੀਆ ਦਾ ਇੱਕ ਵਿਲੱਖਣ ਧਾਰਮਿਕ ਗ੍ਰੰਥ ਹੈ ਜਿਸ ਵਿੱਚ ਨਾ ਸਿਰਫ਼ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹਨ, ਸਗੋਂ ਹਿੰਦੂ ਸ਼ਰਧਾਲੂਆਂ, ਮੁਸਲਿਮ ਸੰਤਾਂ ਅਤੇ ਸੂਫ਼ੀ ਸੰਤਾਂ ਦੇ ਭਜਨ ਸਮੋਏ ਹੋਏ ਹਨ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਦੇ ਕੇ ਸਾਡੇ ਸਦੀਵੀ ਗੁਰੂ ਵਜੋਂ ਮਾਨਤਾ ਦਿੱਤੀ। ‘ਸ਼ਬਦ ਗੁਰੂ’ ਦੀ ਧਾਰਨਾ ਸਾਡੇ ਜੀਵਨ ਵਿੱਚ ਅਤਿ ਮਹੱਤਵ ਰੱਖਦੀ ਹੈ ਕਿਉਂਕਿ ਹਰ ਸਿੱਖ ਦੇ ਜੀਵਨ ਵਿੱਚ ਜਨਮ ਅਤੇ ਵਿਆਹ ਤੋਂ ਲੈ ਕੇ ਮੌਤ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਸੇਧ ਅਤੇ ਸਮਰੱਥਾ ਦੀ ਬਖ਼ਸਿਸ਼ ਮੰਗੀ ਜਾਂਦੀ ਹੈ।

ਗੁਰਬਾਣੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ। ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦਾ ਦਰਜ ਦਿੱਤਾ ਹੈ। ਮਹਾਨ ਗੁਰੂਆਂ ਨੇ 600 ਸਾਲ ਤੋਂ ਵੱਧ ਸਮਾਂ ਪਹਿਲਾਂ ਸਾਨੂੰ ਜੀਵਨ ਦਾ ਰਸਤਾ ਸਿਖਾਇਆ ਸੀ ਜੋ ਅਜੇ ਵੀ ਉਨਾ ਹੀ ਪ੍ਰਸੰਗਿਕ ਹੈ। ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇੱਕ ਜਾਗਤ ਜੋਤ ਹਨ, ਇਸ ਲਈ ਹਰ ਪੰਜਾਬੀ ਅਤੇ ਖਾਸ ਕਰਕੇ ਹਰ ਸਿੱਖ ਉਨ੍ਹਾਂ ਦਾ ਸਤਿਕਾਰ ਕਰਦਾ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਰ ਸ਼ਬਦ ਦੀ ਪਾਲਣਾ ਕਰਦਾ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਬੜੇ ਅਫ਼ਸੋਸ ਦੀ ਗੱਲ ਹੈ ਕਿ ਪਹਿਲਾਂ ਕਾਨੂੰਨਾਂ ਨੂੰ ਵਡੇਰੇ ਜਨਤਕ ਹਿੱਤਾਂ ਦੀ ਥਾਂ ਰਾਜਨੀਤਿਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤਾ ਜਾਂਦਾ ਸੀ। ਉਨ੍ਹਾਂ ਨਾਲ ਹੀ ਕਿਹਾ ਕਿ ਆਨੰਦ ਮੈਰਿਜ ਐਕਟ ਤਾਮਿਲਨਾਡੂ, ਦਿੱਲੀ ਅਤੇ ਇੱਥੋਂ ਤੱਕ ਕਿ ਪਾਕਿਸਤਾਨ ਵਿੱਚ ਵੀ ਹੈ ਪਰ ਇਹ ਪੰਜਾਬ ਵਿੱਚ ਕਿਤੇ ਵੀ ਨਹੀਂ। ਇਹ ਐਕਟ ਇਹ ਯਕੀਨੀ ਬਣਾਏਗਾ ਕਿ ਜੋ ਵੀ ਬੇਅਦਬੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਹੈ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੁਸ਼ਤਾਂ ਵੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਸਜ਼ਾ ਨੂੰ ਯਾਦ ਰੱਖਣਗੀਆਂ।

ਪ੍ਰਕਿਰਿਆਤਮਕ ਪਹਿਲੂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਿਉਂਕਿ ਕਿ ਇਹ ਬਿੱਲ ਇੱਕ ਸਟੇਟ ਬਿੱਲ ਹੈ, ਇਸ ਲਈ ਇਸ ਵਾਸਤੇ ਰਾਸ਼ਟਰਪਤੀ ਦੀ ਸਹਿਮਤੀ ਦੀ ਲੋੜ ਨਹੀਂ ਹੋਵੇਗੀ।  ਉਨ੍ਹਾਂ ਕਿਹਾ ਕਿ ਰਾਜ ਵਿਧਾਨ ਸਭਾ ਦੁਆਰਾ ਪਾਸ ਹੋਣ ਤੋਂ ਬਾਅਦ ਬਿੱਲ ਨੂੰ ਸੂਬੇ ਦੇ ਰਾਜਪਾਲ ਕੋਲ ਭੇਜਿਆ ਜਾਵੇਗਾ। ਜੇਕਰ ਰਾਜਪਾਲ ਜੀ ਨੂੰ ਸਮਾਂ ਲੱਗਦਾ ਹੈ ਤਾਂ ਉਹ ਖੁਦ ਉਨ੍ਹਾਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਤੁਰੰਤ ਬਿੱਲ ਨੂੰ ਮਨਜ਼ੂਰੀ ਦੇਣ ਲਈ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਆਪਣਾ ਜ਼ਿਆਦਾਤਰ ਸਮਾਂ ਰਾਜਪਾਲ ਕੋਲ ਉਨ੍ਹਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਂਦੀਆਂ ਹਨ ਪਰ ਜੇਕਰ ਇਹ ਪਾਰਟੀਆਂ ਚਾਹੁਣ ਤਾਂ ਉਹ ਇਸ ਨੇਕ ਕੰਮ ਲਈ ਉਨ੍ਹਾਂ ਦਾ ਸਾਥ ਵੀ ਦੇ ਸਕਦੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਜਿਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਲਈ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ, ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਲੋਕ ਨੁਮਾਇੰਦਾ ਸਦਨ ਵਿੱਚ ਮੌਜੂਦ ਨਹੀਂ ਹੈ। ਉਨ੍ਹਾਂ ਨੇ ਸਦਨ ਤੋਂ ਦੂਰ ਰਹਿਣਾ ਹੀ ਵਾਜਬ ਸਮਝਿਆ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਅੱਜ ਸਾਡਾ ਪਰਦਾਫਾਸ਼ ਹੋਣਾ ਲਾਜ਼ਮੀ ਹੈ। ਇਨ੍ਹਾਂ ਆਗੂਆਂ ਦੇ ਹੱਥ ਨਿਰਦੋਸ਼ ਲੋਕਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਇੱਥੋਂ ਤੱਕ ਕਿ ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਵੀ ਨਹੀਂ ਬਖ਼ਸ਼ਿਆ।

ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਜੋ ਲੋਕ ਬੇਅਦਬੀ ਲਈ ਜ਼ਿੰਮੇਵਾਰ ਹਨ, ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਸਮੂਹ ਸੰਗਤ ਵਿੱਚ ਆਪਣਾ ਅਪਰਾਧ ਕਬੂਲਿਆ ਸੀ। ਹਾਲਾਂਕਿ, ਜਦੋਂ ਉਨ੍ਹਾਂ ਨੂੰ ਲੱਗਾ ਕਿ ਇਹ ਉਨ੍ਹਾਂ ਦੇ ਰਾਜਨੀਤਿਕ ਹਿੱਤਾਂ ਦੇ ਅਨੁਕੂਲ ਨਹੀਂ ਹੈ, ਤਾਂ ਉਨ੍ਹਾਂ ਨੇ ਕੁਝ ਸਮੇਂ ਬਾਅਦ ਇਸ ਤੋਂ ਯੂ ਟਰਨ ਲੈ ਲਿਆ ਅਤੇ ਕਿਹਾ ਕਿ ਕੁਝ ਲੋਕ ਉਨ੍ਹਾਂ ਨੂੰ ਬਦਨਾਮ ਕਰਨ ਲਈ ਕੇਂਦਰੀ ਏਜੰਸੀਆਂ ਦੇ ਹੱਥਾਂ ਵਿੱਚ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰਾ ਸੂਬਾ ਇਨ੍ਹਾਂ ਆਗੂਆਂ ਦਾ ਅਸਲੀ ਚਿਹਰਾ ਜਾਣਦਾ ਹੈ ਜਿਨ੍ਹਾਂ ਨੇ ਹਮੇਸ਼ਾ ਆਪਣੀਆਂ ਰਾਜਨੀਤਿਕ ਚਾਲਾਂ ਰਾਹੀਂ ਲੋਕਾਂ ਨੂੰ ਗੁਮਰਾਹ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਇਨ੍ਹਾਂ ਆਗੂਆਂ ਦੀ ਮਰਜ਼ੀ ਅਤੇ ਇੱਛਾ ਅਨੁਸਾਰ ਚੁਣੇ ਜਾਂਦੇ ਰਹੇ ਹਨ, ਜੋ ਕਿ ਪੂਰੀ ਤਰ੍ਹਾਂ ਅਣਉਚਿਤ ਅਤੇ ਨਾ ਮੁਆਫ਼ੀਯੋਗ ਹੈ। ਇਨ੍ਹਾਂ ਆਗੂਆਂ ਨੇ ਸਿੱਖ ਵਿਰੋਧੀ ਤਾਕਤਾਂ ਨੂੰ ਆਪਣੀ ਸਰਕਾਰ ਵਿੱਚ ਉੱਚ ਅਹੁਦਿਆਂ ਨਾਲ ਨਿਵਾਜਿਆ ਅਤੇ ਸਨਮਾਨਿਤ ਕੀਤਾ ਅਤੇ ਆਪਣੇ ਕੁਕਰਮਾਂ ਨਾਲ ਸਦਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ। ਜਿਸ ਆਗੂ ਨੂੰ ਫ਼ਖ਼ਰ-ਏ-ਕੌਮ ਦਿੱਤਾ ਗਿਆ, ਉਸੇ ਨੇ ਨਕੋਦਰ ਘਟਨਾ, ਬੇਅਦਬੀਆਂ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਦੀ ਸਰਪ੍ਰਸਤੀ ਕੀਤੀ ਅਤੇ ਐਸ.ਜੀ.ਪੀ.ਸੀ. ਨੂੰ ਮਹਿਜ਼ ਕਠਪੁਤਲੀ ਬਣਾ ਕੇ ਰੱਖ ਦਿੱਤਾ।

ਉਨ੍ਹਾਂ ਅੱਗੇ ਕਿਹਾ ਅਜਿਹੇ ਆਗੂ ਜਿਨ੍ਹਾਂ ਨੇ ਆਪਣੇ ਘਿਨਾਉਣੇ ਕਾਰਨਾਮਿਆਂ ਰਾਹੀਂ ਹਰ ਸਿੱਖ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ, ਉਹ ਭਾਈਚਾਰੇ ਦੇ ਸਿਖਰਲੇ ਖ਼ਿਤਾਬ ਦੇ ਹੱਕਦਾਰ ਨਹੀਂ ਹਨ। ਇਨ੍ਹਾਂ ਆਗੂਆਂ ਦਾ ਇੱਕ ਵੀ ਕੰਮ ਸ਼ਲਾਘਾਯੋਗ ਨਹੀਂ ਹੈ ਅਤੇ ਅਜਿਹਾ ਕੁਝ ਵੀ ਨਹੀਂ ਹੈ ਜਿਸ 'ਤੇ ਅਸੀਂ ਲੋਕ ਉਨ੍ਹਾਂ ਜਾਂ ਉਨ੍ਹਾਂ ਦੀ ਵਿਰਾਸਤ 'ਤੇ ਮਾਣ ਕਰ ਸਕੀਏ। ਇਨ੍ਹਾਂ ਮੌਕਾਪ੍ਰਸਤ ਆਗੂਆਂ ਨੇ ਸਿੱਖ ਪੰਥ ਨੂੰ ਹਮੇਸ਼ਾ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਵਰਤਿਆ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕੁਝ ਨਹੀਂ ਕੀਤਾ।

ਉਨ੍ਹਾਂ ਕਿਹਾ, "ਇਹ ਬੇਹੱਦ ਮੰਦਭਾਗਾ ਹੈ ਕਿ ਪੁਰਾਣੇ ਕਾਨੂੰਨਾਂ ਵਿੱਚ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਚਾਰ ਵਾਰ ਸੋਧਾਂ ਕਰਨ ਦੇ ਬਾਵਜੂਦ ਇਸ ਗੈਰ-ਮਾਨਵੀ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਵਾਲਿਆਂ ਵੱਲੋਂ ਕਈ ਕਮੀਆਂ ਛੱਡੀਆਂ ਗਈਆਂ। ਇਹ ਪੰਜਵੀਂ ਸੋਧ ਅੰਤਿਮ ਹੋਵੇਗੀ ਅਤੇ ਸਾਡੇ ਸਦੀਵੀ ਗੁਰੂ ਸਾਹਿਬ ਦਾ ਨਿਰਾਦਰ ਕਰਨ ਦੇ ਉਦੇਸ਼ ਨਾਲ ਕੀਤੀਆਂ ਗਤੀਵਿਧੀਆਂ 'ਤੇ ਪੂਰਨ ਰੋਕ ਲਗਾਏਗੀ। ਬਦਕਿਸਮਤੀ ਨਾਲ ਕੁਝ ਪੱਥਰ ਦਿਲ ਲੋਕ ਗਿਆਨ ਦੇ ਇਸ ਸੋਮੇ ਦਾ ਨਿਰਾਦਰ ਕਰਦੇ ਹਨ ਜੋ ਬਰਦਾਸ਼ਤਯੋਗ ਨਹੀਂ ਹੈ।"

ਬਿਲ ਦੇ ਉਪਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ, "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿੱਚ ਸੋਧ ਕਰਕੇ ਹੁਣ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਬਣਾਇਆ ਗਿਆ ਹੈ ਤਾਂ ਜੋ ਫਿਰਕੂ ਸਦਭਾਵਨਾ ਅਤੇ ਰਾਸ਼ਟਰੀ ਏਕਤਾ ਦੀਆਂ ਤੰਦਾਂ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਬੇਅਦਬੀ ਦੀਆਂ ਨਾਪਾਕ ਕੋਸ਼ਿਸ਼ਾਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ। ਇਹ ਦੇਖਿਆ ਗਿਆ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋਸ਼ੀ ਮਾਨਸਿਕ ਤੌਰ 'ਤੇ ਪਰੇਸ਼ਾਨ ਹੋਣ ਦਾ ਦਿਖਾਵਾ ਕਰਦਾ ਹੈ ਪਰ ਇਸ ਐਕਟ ਵਿੱਚ ਕਿਹਾ ਗਿਆ ਹੈ ਕਿ ਮਾਨਸਿਕ ਤੌਰ 'ਤੇ ਪਰੇਸ਼ਾਨ ਹੋਣ ਦਾ ਦਿਖਾਵਾ ਕਰਨ ਵਾਲੇ ਵਿਅਕਤੀ ਦੇ ਪਰਿਵਾਰਕ ਮੈਂਬਰਾਂ 'ਤੇ ਵੀ ਇਸ ਗੈਰ-ਮੁਆਫੀਯੋਗ ਅਪਰਾਧ ਲਈ ਮੁਕੱਦਮਾ ਚਲਾਇਆ ਜਾਵੇਗਾ। ਇਸ ਵਿੱਚ 'ਕਸਟੋਡੀਅਨ' ਦੀ ਪਰਿਭਾਸ਼ਾ ਦਿੱਤੀ ਗਈ ਹੈ, ਜਿਸ ਅਨੁਸਾਰ ਹਰੇਕ ਕਸਟੋਡੀਅਨ ਨੂੰ ਸੁਰੱਖਿਅਤ ਕਸਟਡੀ, ਸੁਰੱਖਿਆ ਲਈ ਅਤੇ ਦੁਰਵਰਤੋਂ ਜਾਂ ਨੁਕਸਾਨ ਨੂੰ ਰੋਕਣ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ ਜਾਵੇਗਾ (ਧਾਰਾ 3ਬੀ)।"

ਉਨ੍ਹਾਂ ਕਿਹਾ, "ਬੇਅਦਬੀ ਦੇ ਮਾਮਲਿਆਂ ਦੀ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਜਾਂਚ ਯਕੀਨੀ ਬਣਾਉਣ ਲਈ ਵਿਵਸਥਾ ਕੀਤੀ ਗਈ ਹੈ (ਧਾਰਾ 4ਏ) ਅਤੇ ਇਸ ਕਾਨੂੰਨ ਅਧੀਨ ਅਪਰਾਧ ਗੈਰ-ਜ਼ਮਾਨਤੀ ਹੋਵੇਗਾ ਅਤੇ ਇਸ ਸਬੰਧੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ (ਧਾਰਾ 4ਬੀ)। ਐਕਟ ਮੁਤਾਬਕ ਸਜ਼ਾਵਾਂ ਵਿੱਚ ਵਾਧਾ ਕੀਤਾ ਗਿਆ ਹੈ ਜਿਸ ਤਹਿਤ 20 ਲੱਖ ਰੁਪਏ ਤੱਕ ਜੁਰਮਾਨਾ ਅਤੇ ਉਮਰ ਕੈਦ ਤੱਕ ਦੀ ਸਜਾ ਸ਼ਾਮਲ ਹੈ (ਧਾਰਾ 5)। ਅਪਰਾਧਾਂ ਨੂੰ ਪੰਜ ਕਿਸਮਾਂ ਵਿੱਚ ਸ਼੍ਰੇਣੀਬੱਧ ਕੀਤਾ ਗਿਆ ਹੈ ਕਿਉਂਕਿ ਐਕਟ ਦੇ ਉਪਬੰਧਾਂ ਦੀ ਉਲੰਘਣਾ ਕਰਨ 'ਤੇ 5 ਸਾਲ ਤੱਕ ਦੀ ਕੈਦ ਅਤੇ 10 ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ 'ਤੇ 7 ਤੋਂ 20 ਸਾਲ ਦੀ ਕੈਦ ਅਤੇ 2 ਤੋਂ 10 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਸਮਾਜਿਕ ਜਾਂ ਧਾਰਮਿਕ ਸਦਭਾਵਨਾ ਨੂੰ ਭੰਗ ਕਰਨ ਦੇ ਇਰਾਦੇ ਨਾਲ ਬੇਅਦਬੀ ਕਰਨ 'ਤੇ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ 5 ਤੋਂ 25 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਬੇਅਦਬੀ ਵਿੱਚ ਸਹਾਇਤਾ ਕਰਨ ਵਾਲਿਆਂ ਨੂੰ ਵੀ ਬਰਾਬਰ ਸਜ਼ਾ ਮਿਲੇਗੀ ਅਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ 'ਤੇ 3 ਤੋਂ 5 ਸਾਲ ਦੀ ਕੈਦ ਅਤੇ 1-3 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਇਹ ਪ੍ਰਸਤਾਵਿਤ ਕਾਨੂੰਨ ਅਜਿਹੀਆਂ ਅਣਮਨੁੱਖੀ ਗਤੀਵਿਧੀਆਂ 'ਤੇ ਰੋਕ ਲਗਾਉਣ ਦਾ ਕੰਮ ਕਰੇਗਾ ਅਤੇ ਸੂਬੇ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਬਰਕਰਾਰ ਰੱਖਣ ਵਿੱਚ ਮਦਦ ਕਰੇਗਾ।”

ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਬੇਹੱਦ ਸੁਭਾਗਾ ਮਹਿਸੂਸ ਕਰਦੇ ਹਨ ਕਿ ਸਾਰੇ ਪਵਿੱਤਰ ਧਾਰਮਿਕ ਗ੍ਰੰਥਾਂ ਪ੍ਰਤੀ ਸ਼ਰਧਾ ਅਤੇ ਸਤਿਕਾਰ ਵਜੋਂ ਉਨ੍ਹਾਂ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਵਿੱਚ ਵੱਖ-ਵੱਖ ਧਰਮਾਂ ਦੇ ਧਾਰਮਿਕ ਗ੍ਰੰਥਾਂ ਦੇ ਪਾਵਨ ਸਰੂਪਾਂ ਨੂੰ ਲਿਜਾਣ ਲਈ ਵਿਸ਼ੇਸ਼ ਤੌਰ 'ਤੇ ਡਿਜ਼ਾਈਨ ਕੀਤੇ ਵਾਹਨਾਂ ਨੂੰ ਮੋਟਰ ਵਾਹਨ ਟੈਕਸ (ਐਮਵੀਟੀ) ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।”

ਉਨ੍ਹਾਂ ਦੱਸਿਆ, “ਇਨ੍ਹਾਂ ਵਾਹਨਾਂ ਲਈ ਛੋਟ ਵੱਖ-ਵੱਖ ਧਾਰਮਿਕ ਸੰਗਠਨਾਂ ਵੱਲੋਂ ਸਜਾਏ ਜਾਂਦੇ ਨਗਰ ਕੀਰਤਨਾਂ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੀ ਗਈ ਹੈ ਅਤੇ ਇਹ ਕਦਮ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਏਗਾ। ਇਹ ਛੋਟ ਵੱਖ-ਵੱਖ ਧਾਰਮਿਕ ਸੰਗਠਨਾਂ ਵੱਲੋਂ ਉਨ੍ਹਾਂ ਦੇ ਧਾਰਮਿਕ ਸਮਾਰੋਹਾਂ ਜਾਂ ਸਮਾਗਮਾਂ ਵਿੱਚ ਵਰਤੇ ਜਾਣ ਵਾਲੇ ਵਿਸ਼ੇਸ਼ ਤੌਰ 'ਤੇ ਡਿਜ਼ਾਈਨ ਕੀਤੇ ਵਾਹਨਾਂ 'ਤੇ ਦਿੱਤੀ ਗਈ ਹੈ ਤਾਂ ਜੋ ਸਾਰੀਆਂ ਧਾਰਮਿਕ ਸੰਸਥਾਵਾਂ ਨੂੰ ਵਿੱਤੀ ਰਾਹਤ ਮਿਲ ਸਕੇ।”

ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ, ਉਨ੍ਹਾਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਭੇਟ ਕਰਨ ਦੇ ਮਾਮਲੇ ਨੂੰ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕੋਲ ਉਠਾਉਣ ਤੋਂ ਬਾਅਦ ਸਦਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ ਸੀ। ਸਮੁੱਚਾ ਸੂਬਾ ਉਸ ਮਹੀਨੇ ਨੂੰ 'ਸੋਗ ਦੇ ਮਹੀਨੇ' ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਸ਼ਾਸਕਾਂ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਿੰਦਾ ਨੀਂਹਾਂ ਵਿੱਚ ਚਿਣਵਾ ਦਿੱਤਾ ਸੀ। ਉਨ੍ਹਾਂ ਤੋਂ ਪਹਿਲਾਂ 190 ਤੋਂ ਵੱਧ ਸੰਸਦ ਮੈਂਬਰਾਂ ਨੇ ਸੂਬੇ ਦੀ ਨੁਮਾਇੰਦਗੀ ਕੀਤੀ ਸੀ ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਇਸ ਮੁੱਦੇ ਨੂੰ ਉਠਾਉਣ ਦੀ ਖੇਚਲ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਉਹ ਬੇਹੱਦ ਸੁਭਾਗਾ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਮੌਕਾ ਮਿਲਿਆ ਹੈ। ਸਾਡੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਸੰਦੇਸ਼ ਨੂੰ ਦੁਨੀਆ ਭਰ ਵਿੱਚ ਫੈਲਾਉਣਾ ਸਾਡਾ ਸਮੂਹਿਕ ਫਰਜ਼ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਤੋਂ ਮੁਕਤ ਇੱਕ ਸਮਾਨਤਾਵਾਦੀ ਸਮਾਜ ਦੀ ਕਲਪਨਾ ਕੀਤੀ ਸੀ।

ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਜਿਸ ਨਾਲ ਸਮਾਨਤਾਵਾਦੀ ਕਦਰਾਂ-ਕੀਮਤਾਂ 'ਤੇ ਅਧਾਰਤ ਸਮਾਜ ਦੀ ਸਿਰਜਣਾ ਹੋਈ। ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਦੇ ਸਮਾਗਮ ਉਲੀਕੇ ਗਏ ਹਨ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਇਕ ਅਜਿਹੇ ਆਦਰਸ਼ ਸਮਾਜ ਦੀ ਕਲਪਨਾ ਕੀਤੀ ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦੇ ਦੁੱਖ ਦਾ ਸਾਹਮਣਾ ਨਾ ਕਰਨਾ ਪਵੇ। ਸੂਬਾ ਸਰਕਾਰ ਵੱਲੋਂ ਵਿਸ਼ਵ ਭਰ ਵਿੱਚ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਸੰਤ ਸਮਾਜ ਤੋਂ ਆਸ਼ੀਰਵਾਦ ਅਤੇ ਸੁਝਾਵਾਂ ਲਈ ਅਪੀਲ ਕੀਤੀ ਗਈ ਹੈ।”

ਅੰਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਮੇਰੇ ਲਈ ਬੇਹੱਦ ਮਾਣ ਅਤੇ ਸੰਤੁਸ਼ਟੀ ਦੀ ਗੱਲ ਸੀ ਕਿ ਇਹ ਜਸ਼ਨ ਮੇਰੇ ਕਾਰਜਕਾਲ ਦੌਰਾਨ ਮਨਾਏ ਜਾ ਰਹੇ ਸਨ। ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਹ ਜਸ਼ਨ ਪੂਰੇ ਧਾਰਮਿਕ ਜੋਸ਼ ਅਤੇ ਉਤਸ਼ਾਹ ਨਾਲ ਮਨਾਏ ਜਾਣ। ਉਨ੍ਹਾਂ ਨੇ ਸੰਤ ਸਮਾਜ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਜਸ਼ਨਾਂ ਦੀ ਰੂਪਰੇਖਾ ਅਤੇ ਪ੍ਰੋਗਰਾਮਾਂ ਨੂੰ ਅੰਤਮ ਰੂਪ ਦੇਣ ਲਈ ਆਪਣੇ ਸੁਝਾਅ ਦੇ ਕੇ ਸੂਬੇ ਦੀ ਅਗਵਾਈ ਕਰਨ।"

ਚੰਡੀਗੜ੍ਹ, 14 ਅਪ੍ਰੈਲ 2026: ਪੰਜਾਬ ਪੁਲਿਸ ਦੀਆਂ ਮਹਿਲਾ ਅਧਿਕਾਰੀ ਆਧੁਨਿਕ ਪੁਲਿਸਿੰਗ ਦੇ ਮੋਰਚਿਆਂ 'ਤੇ ਇੱਕ ਫੈਸਲਾਕੁੰਨ ਤਾਕਤ ਵਜੋਂ ਉੱਭਰ ਰਹੀਆਂ,  ਮੁੱਖ ਆਪ੍ਰੇਸ਼ਨਾਂ ਦੀ ਅਗਵਾਈ ਕਰ ਰਹੀਆਂ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਪਰਾਧ ਅਤੇ ਗੈਂਗਸਟਰ-ਮੁਕਤ ਪੰਜਾਬ ਦੇ ਯਤਨਾਂ ਨੂੰ ਲਗਾਤਾਰ ਮਜ਼ਬੂਤੀ ਪ੍ਰਦਾਨ ਕਰ ਰਹੀਆਂ ਹਨ। ਗੈਂਗਸਟਰ ਵਿਰੋਧੀ ਮੁਹਿੰਮਾਂ ਦੀ ਨਿਗਰਾਨੀ ਤੋਂ ਲੈ ਕੇ ਕਮਿਊਨਿਟੀ-ਕੇਂਦਰਿਤ ਪਹਿਲਾਂ ਨੂੰ ਅੱਗੇ ਵਧਾਉਣ ਤੱਕ, ਇਹ ਅਧਿਕਾਰੀ ਨਾ ਸਿਰਫ਼ ਅਪਰਾਧਿਕ ਨੈੱਟਵਰਕਾਂ ਨੂੰ ਤੋੜ ਰਹੀਆਂ ਹਨ, ਸਗੋਂ ਪੁਲਿਸ ਬਲ ਵਿੱਚ ਲੀਡਰਸ਼ਿਪ ਨੂੰ ਵੀ ਮੁੜ ਪਰਿਭਾਸ਼ਿਤ ਵੀ ਤਿਆਰ ਕਰ ਰਹੀਆਂ ਹਨ।

ਲੀਡਰਸ਼ਿਪ ਭੂਮਿਕਾਵਾਂ ਵਿੱਚ ਔਰਤਾਂ ਦੀ ਵੱਧ ਰਹੀ ਮੌਜੂਦਗੀ ਨੇ ਪੰਜਾਬ ਪੁਲਿਸ ਨੂੰ ਦੇਸ਼ ਦੀਆਂ ਸਭ ਤੋਂ ਪ੍ਰਗਤੀਸ਼ੀਲ ਤਾਕਤਾਂ ਵਿੱਚ ਸ਼ਾਮਲ ਕਰ ਦਿੱਤਾ ਹੈ, ਜਿਸ ਵਿੱਚ ਮਹਿਲਾ ਅਧਿਕਾਰੀ ‘ਗੈਂਗਸਟਰਾਂ ਤੇ ਵਾਰ’ ਅਤੇ ‘ਆਪਰੇਸ਼ਨ ਪ੍ਰਹਾਰ’ ਵਰਗੀਆਂ ਮੁੱਖ ਮੁਹਿੰਮਾਂ ਦੀ ਨਿਗਰਾਨੀ ਕਰ ਰਹੀਆਂ ਹਨ। ਇਹ ਅਧਿਕਾਰੀ ਨਾ ਸਿਰਫ਼ ਰਾਜ ਨੂੰ ਅਪਰਾਧ ਤੋਂ ਸੁਰੱਖਿਅਤ ਕਰ ਰਹੀਆਂ ਹਨ ਬਲਕਿ ਨੌਜਵਾਨ ਔਰਤਾਂ ਦੀ ਇੱਕ ਨਵੀਂ ਪੀੜ੍ਹੀ ਨੂੰ ਫੋਰਸ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਵੀ ਕਰ ਰਹੀਆਂ ਹਨ।

ਪੰਜਾਬ ਸਰਕਾਰ ਦੇ ਸਮਰਥਨ ਨਾਲ, 79 ਮਹਿਲਾ ਅਧਿਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਤੱਕ ਦੇ ਵੱਖ-ਵੱਖ ਅਹੁਦਿਆਂ 'ਤੇ ਡਿਊਟੀਆਂ ਨਿਭਾ ਰਹੇ ਹਨ। ਪੰਜਾਬ ਪੁਲਿਸ ਦੇ ਰਿਕਾਰਡ ਅਨੁਸਾਰ, ਬਲਾਂ ਵਿੱਚ 4 ਐਸਡੀਜੀਪੀ, 1 ਏਡੀਜੀਪੀ, 2 ਆਈਜੀਪੀ/ਸੀਪੀ, 2 ਡੀਆਈਜੀ, 18 ਐਸਐਸਪੀ/ਏਆਈਜੀ/ਕਮਾਂਡੈਂਟ (3 ਐਸਐਸਪੀ ਹਨ), 23 ਐਸਪੀ, 1 ਏਐਸਪੀ ਅਤੇ 28 ਡੀਐਸਪੀ ਮਹਿਲਾ ਪੁਲਿਸ ਅਧਿਕਾਰੀ ਸ਼ਾਮਲ ਹਨ। ਕੁੱਲ 79 ਵਿੱਚੋਂ 5 ਅਧਿਕਾਰੀ ਫੀਲਡ ਅਹੁਦਿਆਂ ਦੀ ਅਗਵਾਈ ਕਰ ਰਹੀਆਂ ਹਨ, ਜਿੱਥੇ ਉਹ ‘ਗੈਂਗਸਟਰਾਂ ‘ਤੇ ਵਾਰ’ ਵਰਗੀਆਂ ਮੁਹਿੰਮਾਂ ਦੀ ਨਿਗਰਾਨੀ ਅਤੇ ਭਾਗੀਦਾਰੀ ਕਰਦੀਆਂ ਹਨ। ਇਹ ਅਧਿਕਾਰੀ ਅਪਰਾਧ ਨਾਲ ਨਜਿੱਠਣ ਲਈ ਮੋਢੇ ਨਾਲ ਮੋਢਾ ਮਿਲਾ ਕੇ ਕੰਮ ਕਰ ਰਹੀਆਂ ਹਨ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਸਹਿਕਰਮੀ ਉਨ੍ਹਾਂ 'ਤੇ ਮਾਣ ਮਹਿਸੂਸ ਕਰਦੇ ਹਨ।

ਮਜ਼ਬੂਤ ਸਿੱਖਿਆ ਅਤੇ ਸਿਖਲਾਈ ਪ੍ਰਮਾਣ ਪੱਤਰਾਂ ਨਾਲ, ਮਹਿਲਾ ਪੁਲਿਸ ਅਧਿਕਾਰੀਆਂ ਨੇ ਸੰਚਾਲਨ ਅਤੇ ਪ੍ਰਸ਼ਾਸਨਿਕ ਦੋਵੇਂ ਖੇਤਰਾਂ ਵਿੱਚ ਆਪਣੀ ਸਮਰੱਥਾ ਨੂੰ ਤੇਜ਼ੀ ਨਾਲ ਸਾਬਤ ਕੀਤਾ ਹੈ।

ਇਹ ਗੱਲ ਸਪੱਸ਼ਟ ਹੈ ਕਿ ਪੰਜਾਬ ਪੁਲਿਸ ਦੀਆਂ ਮਹਿਲਾ ਅਧਿਕਾਰੀਆਂ ਨੇ ਪੁਲਿਸਿੰਗ ਦੇ ਮਿਆਰਾਂ ਨੂੰ ਉੱਚਾ ਚੁੱਕਿਆ ਹੈ। ਸਿਰਫ਼ ਫੀਲਡ 'ਤੇ ਹੀ ਨਹੀਂ, ਸਗੋਂ ਇਹ ਅਧਿਕਾਰੀ ਤਕਨਾਲੋਜੀ ਵਿੱਚ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਹਨ, ਰਾਜ ਵਿੱਚ ਅਪਰਾਧ ਨੂੰ ਰੋਕਣ ਬਾਰੇ ਚੰਗੀ ਤਰ੍ਹਾਂ ਜਾਣੂ ਹਨ ਅਤੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਸੁਰੱਖਿਅਤ ਰਾਜਾਂ ਵਿੱਚੋਂ ਇੱਕ ਬਣਾਉਣ ਦੇ ਆਪਣੇ ਉਦੇਸ਼ ਨੂੰ ਪ੍ਰਾਪਤ ਕਰਨ ਵਿੱਚ ਬਹੁਤ ਸਪੱਸ਼ਟ ਹਨ।

ਐਸਐਸਪੀ ਫਰੀਦਕੋਟ ਪ੍ਰੱਗਿਆ ਜੈਨ ਨੇ ਜ਼ੋਰ ਦਿੱਤਾ ਕਿ ਆਧੁਨਿਕ ਪੁਲਿਸਿੰਗ ਨੂੰ ਲਿੰਗ ਦੀ ਬਜਾਏ ਯੋਗਤਾ ਅਤੇ ਤਾਲਮੇਲ ਹੈ। ਮਹਿਲਾ ਅਧਿਕਾਰੀ ਹਰ ਪੱਧਰ 'ਤੇ ਆਪਣਾ ਮਹੱਤਵਪੂਰਨ ਯੋਗਦਾਨ ਦੇ ਰਹੀਆਂ ਹਨ। ਉਨ੍ਹਾਂ ਨੇ ਕਿਹਾ, “ਮੇਰੇ ਅਨੁਸਾਰ ਪੁਲਿਸਿੰਗ ਹਿੰਮਤ, ਯੋਗਤਾ ਅਤੇ ਵਚਨਬੱਧਤਾ 'ਤੇ ਆਧਾਰਿਤ ਹੈ, ਨਾ ਕਿ ਲਿੰਗ 'ਤੇ। ‘ਗੈਂਗਸਟਰਾਂ ‘ਤੇ ਵਾਰ’ ਵਰਗੀਆਂ ਮੁਹਿੰਮਾਂ ਵਿੱਚ ਮਹਿਲਾ ਅਧਿਕਾਰੀਆਂ ਨੇ ਇਨ੍ਹਾਂ ਤਿੰਨਾਂ ਗੁਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਗੈਂਗਸਟਰ ਵਿਰੋਧੀ ਮੁਹਿੰਮਾਂ ਦਿਖਾਉਂਦੀਆਂ ਹਨ ਕਿ ਆਧੁਨਿਕ ਪੁਲਿਸਿੰਗ ਖੁਫੀਆ ਜਾਣਕਾਰੀ ਅਤੇ ਸਾਂਝੀ ਟੀਮ-ਅਗਵਾਈ 'ਤੇ ਆਧਾਰਿਤ ਹੈ।”

ਐਸਐਸਪੀ ਫਰੀਦਕੋਟ ਨੇ ਅੱਗੇ ਕਿਹਾ, “ਮਹਿਲਾ ਅਧਿਕਾਰੀ ਯੋਜਨਾ ਬਣਾਉਣ ਤੋਂ ਲੈ ਕੇ ਆਪ੍ਰੇਸ਼ਨ ਤੱਕ ਮੋਹਰਲੀ ਕਤਾਰ ਵਿੱਚ ਅਗਵਾਈ ਕਰਦੀਆਂ ਹਨ। ਇੱਕ ਖ਼ਾਸ ਮਾਮਲੇ ਵਿੱਚ, ਇੱਕ ਆਦਤਨ ਅਪਰਾਧੀ ਨੈੱਟਵਰਕ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੇਰ ਰਾਤ ਦੇ ਆਪਰੇਸ਼ਨ ਦੌਰਾਨ ਸਾਡੀ ਮਹਿਲਾ ਪੀਸੀਆਰ ਟੀਮ ਨੇ ਇਲਾਕੇ ਦੀਆਂ ਮਹਿਲਾਵਾਂ ਤੋਂ ਮਹੱਤਵਪੂਰਨ ਸਥਾਨਕ ਖੁਫੀਆ ਜਾਣਕਾਰੀ ਪ੍ਰਾਪਤ ਕੀਤੀ, ਜੋ ਅਕਸਰ ਪੁਰਸ਼ ਟੀਮਾਂ ਲਈ ਮੁਸ਼ਕਲ ਹੁੰਦੀ ਹੈ। ਇਸੇ ਜਾਣਕਾਰੀ ਦੇ ਆਧਾਰ 'ਤੇ ਅਗਲੀ ਸਵੇਰ ਸਿੱਧੀਆਂ ਗ੍ਰਿਫ਼ਤਾਰੀਆਂ ਸੰਭਵ ਹੋਈਆਂ।”

ਚੁਣੌਤੀਆਂ ਬਾਰੇ ਉਨ੍ਹਾਂ ਨੇ ਕਿਹਾ, “ਅਸੀਂ ਸਬੂਤ-ਆਧਾਰਿਤ ਪੁੱਛਗਿੱਛ ਕਰਦੇ ਹਾਂ ਅਤੇ ਦਬਾਅ ਵਿੱਚ ਵੀ ਸ਼ਾਂਤ ਰਹਿੰਦੇ ਹਾਂ। ਜਾਣਕਾਰੀ ਦੀ ਅਸਮਾਨਤਾ ਅਤੇ ਸਮੇਂ ਦੀ ਸੰਵੇਦਨਸ਼ੀਲਤਾ ਵੱਡੀਆਂ ਚੁਣੌਤੀਆਂ ਹਨ। ਪੁਲਿਸਿੰਗ ਵਿੱਚ ਵੱਖ-ਵੱਖ ਲੀਡਰਸ਼ਿਪ ਸ਼ੈਲੀਆਂ ਦੀ ਲੋੜ ਹੈ। ਮਹਿਲਾ ਅਧਿਕਾਰੀਆਂ ਨੂੰ ਮੁੱਖ ਧਾਰਾ ਵਿੱਚ ਲਿਆਉਣਾ ਅਤੇ ਉਨ੍ਹਾਂ ਨੂੰ ਆਪਰੇਸ਼ਨਲ ਭੂਮਿਕਾਵਾਂ ਵਿੱਚ ਤਾਇਨਾਤ ਕਰਨਾ ਸੰਸਥਾਗਤ ਮਜ਼ਬੂਤੀ ਨੂੰ ਦਰਸਾਉਂਦਾ ਹੈ।”

ਉਨ੍ਹਾਂ ਨੇ ਕਿਹਾ, “ਪੁਲਿਸਿੰਗ ਸੇਵਾ ਅਤੇ ਜ਼ਿੰਮੇਵਾਰੀ ‘ਤੇ ਅਧਾਰਤ ਹੈ। ਭਾਵੇਂ ਪੁਰਸ਼ ਹੋਵੇ ਜਾਂ ਮਹਿਲਾ, ਹਰ ਅਧਿਕਾਰੀ ਦੀ ਜ਼ਿੰਮੇਵਾਰੀ ਇੱਕੋ ਜਿਹੀ ਹੁੰਦੀ ਹੈ। ਫਰੀਦਕੋਟ ਵਿੱਚ ਮੇਰੀ ਕੋਸ਼ਿਸ਼ ਇਹ ਰਹੀ ਹੈ ਕਿ ਇੱਕ ਅਜਿਹਾ ਪੁਲਿਸ ਬਲ ਤਿਆਰ ਕੀਤਾ ਜਾਵੇ, ਜਿੱਥੇ ਹਰ ਅਧਿਕਾਰੀ ਨੂੰ ਅਗਵਾਈ ਕਰਨ, ਯੋਗਦਾਨ ਪਾਉਣ ਅਤੇ ਜ਼ਮੀਨੀ ਪੱਧਰ ‘ਤੇ ਬਦਲਾਅ ਲਿਆਉਣ ਲਈ ਸਮਾਨ ਮੌਕਾ ਮਿਲੇ।”

‘ਗੈਂਗਸਟਰਾਂ ‘ਤੇ ਵਾਰ’ ਤਹਿਤ ਪੰਜਾਬ ਪੁਲਿਸ ਦੀ ਕਾਰਵਾਈ ਦੇ ਮਹੱਤਵਪੂਰਨ ਨਤੀਜੇ ਸਾਹਮਣੇ ਆਏ ਹਨ। ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੁਲਿਸ ਬਲ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਸਥਾਨਾਂ ‘ਤੇ 59,015 ਛਾਪੇ ਮਾਰੇ ਹਨ ਅਤੇ 21,154 ਗ੍ਰਿਫ਼ਤਾਰੀਆਂ ਕੀਤੀਆਂ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ 888 ਭਗੌੜਿਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।”

ਫਰੀਦਕੋਟ ਰੇਂਜ ਦੀ ਆਈਜੀਪੀ 'ਨਿਲਾਂਬਰੀ ਜਗਦਾਲੇ' ਨੇ ਅੱਗੇ ਕਿਹਾ ਕਿ ਇਹ ਮੁਹਿੰਮ ਅਪਰਾਧਕ ਨੈਟਵਰਕ ਨੂੰ ਜੜ੍ਹੋਂ ਖਤਮ ਕਰਨ ‘ਤੇ ਕੇਂਦ੍ਰਿਤ ਹੈ। “ਗੈਂਗਸਟਰਵਾਦ, ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਜੜ੍ਹੋਂ ਮਿਟਾਉਣ ਦੇ ਪੱਕੇ ਇਰਾਦੇ ਨਾਲ, ਭਗਵੰਤ ਮਾਨ ਦੀ ਅਗਵਾਈ ਅਤੇ ਪੰਜਾਬ ਦੇ ਡੀਜੀਪੀ 'ਗੌਰਵ ਯਾਦਵ' ਦੇ ਨਿਰਦੇਸ਼ਾਂ ਹੇਠ, ਟੀਮਾਂ ਰਾਜ ਭਰ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ, ਉਨ੍ਹਾਂ ਦੇ ਰਿਸ਼ਤੇਦਾਰਾਂ, ਗੈਰ-ਸਮਾਜਿਕ ਤੱਤਾਂ, ਨਸ਼ਾ ਤਸਕਰਾਂ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਦੇ ਖ਼ਿਲਾਫ਼ ਲਗਾਤਾਰ ਟੀਚਾਗਤ ਅਤੇ ਸਖ਼ਤ ਕਾਰਵਾਈ ਕਰ ਰਹੀਆਂ ਹਨ।”

ਫਰੀਦਕੋਟ ਰੇਂਜ ਦੀ ਆਈਜੀਪੀ ਨੇ ਕਿਹਾ,“ਇਸ ਮੁਹਿੰਮ ਦਾ ਮੁੱਖ ਮਕਸਦ ਅਪਰਾਧਿਕ ਨੈੱਟਵਰਕਾਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਜੜ੍ਹੋ ਖਤਮ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਇਸੇ ਲੜੀ ਤਹਿਤ ‘ਆਪਰੇਸ਼ਨ ਪ੍ਰਹਾਰ 1.0’ ਅਤੇ ‘ਆਪਰੇਸ਼ਨ ਪ੍ਰਹਾਰ 2.0’ ਸ਼ੁਰੂ ਕੀਤੇ ਗਏ ਹਨ।”

ਉਨ੍ਹਾਂ ਕਿਹਾ ਕਿ ਲੀਡਰਸ਼ਿਪ ਅਤੇ ਹਿੰਮਤ ਦਾ ਲਿੰਗ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਅੱਗੇ ਕਿਹਾ, “ਮਹਿਲਾ ਹੋਵੇ ਜਾਂ ਪੁਰਸ਼, ਲੀਡਰਸ਼ਿਪ ਸਮਰੱਥਾ, ਯੋਜਨਾਬੰਦੀ ਅਤੇ ਹਿੰਮਤ ਕਿਸੇ ਵੀ ਲਿੰਗ ‘ਤੇ ਨਿਰਭਰ ਨਹੀਂ ਕਰਦੇ। ਮੇਰਾ ਮੰਨਣਾ ਹੈ ਕਿ ਮਹਿਲਾ ਅਧਿਕਾਰੀ ਤਾਲਮੇਲ ਨਾਲ ਬਿਹਤਰ ਕੰਮ ਕਰ ਰਹੀਆਂ ਹਨ ਅਤੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਕੋਲ ਸ਼ਾਨਦਾਰ ਹੁਨਰ ਹੈ l ਪੀੜਤ ਅਤੇ ਗਵਾਹ, ਮਹਿਲਾ ਅਧਿਕਾਰੀਆਂ ‘ਤੇ ਭਰੋਸਾ ਕਰਦੇ ਹਨ ਅਤੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਨ ਵਿੱਚ ਹਿਚਕਿਚਾਉਂਦੇ ਨਹੀਂ ਹਨ। ‘ਗੈਂਗਸਟਰਾਂ ‘ਤੇ ਵਾਰ’ ਤਹਿਤ ਅਸੀਂ ਵੱਖ-ਵੱਖ ਮਾਮਲਿਆਂ ਨਾਲ ਨਜਿੱਠਿਆ ਹੈ ਅਤੇ ਚੁਣੌਤੀਆਂ ਹਰ ਵਾਰ ਵੱਖਰੀਆਂ ਹੁੰਦੀਆਂ ਹਨ। ਸਾਨੂੰ ਹਮੇਸ਼ਾ ਅਪਰਾਧੀਆਂ ਤੋਂ ਇੱਕ ਕਦਮ ਅੱਗੇ ਰਹਿ ਕੇ ਕੰਮ ਕਰਨਾ ਹੁੰਦਾ ਹੈ।"

ਉਨ੍ਹਾਂ ਅੱਗੇ ਕਿਹਾ, “ਕਈ ਵਾਰ ਅਪਰਾਧੀ ਸੰਘਣੀ ਆਬਾਦੀ ਵਾਲੇ ਇਲਾਕਿਆਂ ਦੀ ਵਰਤੋਂ ਕਰਕੇ ਲੋਕਾਂ ਨੂੰ ਢਾਲ ਬਣਾਉਂਦੇ ਹਨ, ਪਰ ਸਾਨੂੰ ਸਰਗਰਮ ਰਹਿ ਕੇ ਪੂਰੀ ਤਿਆਰੀ ਨਾਲ ਕੰਮ ਕਰਨਾ ਪੈਂਦਾ ਹੈ ਤਾਂ ਜੋ ਉਨ੍ਹਾਂ ਨੂੰ ਅਪਰਾਧ ਕਰਨ ਤੋਂ ਰੋਕਿਆ ਜਾ ਸਕੇ। ਅੱਜ-ਕੱਲ੍ਹ ਗੈਂਗਸਟਰ ਆਧੁਨਿਕ ਤਕਨਾਲੋਜੀ ਦਾ ਵੀ ਇਸਤੇਮਾਲ ਕਰ ਰਹੇ ਹਨ ਅਤੇ ਇਹ ਉਹ ਖੇਤਰ ਹੈ ਜਿੱਥੇ ਅਸੀਂ ਆਪਣੀਆਂ ਟੀਮਾਂ ਨੂੰ ਹੋਰ ਮਜ਼ਬੂਤ ਕੀਤਾ ਹੈ। ਮਹਿਲਾ ਅਤੇ ਪੁਰਸ਼ ਪੁਲਿਸ ਬਲ ਦਾ ਆਪਸੀ ਤਾਲਮੇਲ ਇੱਕ ਪ੍ਰਗਤੀਸ਼ੀਲ ਰਾਜ ਦਾ ਸਕਾਰਾਤਮਕ ਸੰਕੇਤ ਹੈ। ਇਹ ਨੌਜਵਾਨਾਂ ਲਈ ਵੀ ਪ੍ਰੇਰਣਾਦਾਇਕ ਹੈ, ਜੋ ਕਿ ਕਮਿਊਨਿਟੀ ਪੁਲਿਸਿੰਗ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਹੈ।”

ਇਨ੍ਹਾਂ ਮੁਹਿੰਮਾਂ ਨੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਦੇ ਵਿੱਤੀ ਅਤੇ ਲਾਜਿਸਟਿਕ ਢਾਂਚੇ ਨੂੰ ਵੀ ਤਬਾਹ ਕਰਕੇ ਇਸ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਗਈ ਹੈ। ਕਾਲ ਡੀਟੇਲ ਰਿਕਾਰਡ, ਟਾਵਰ ਡੰਪ ਅਤੇ ਆਈਪੀ ਡਾਟਾ ਦੇ ਆਧੁਨਿਕ ਵਿਸ਼ਲੇਸ਼ਣ ਰਾਹੀਂ ਪੰਜਾਬ ਪੁਲਿਸ ਨੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਿਯੋਗੀ ਨੈੱਟਵਰਕਾਂ ‘ਤੇ ਟੀਚਾਗੱਤ ਛਾਪੇ ਮਾਰੇ ਹਨ, ਜਿਸ ਨਾਲ ਵਿਆਪਕ ਤਸਦੀਕ ਅਤੇ ਖੁਫੀਆ-ਆਧਾਰਿਤ ਕਾਰਵਾਈ ਨੂੰ ਯਕੀਨੀ ਬਣਾਇਆ ਗਿਆ ਹੈ।

ਐਸਐਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਪੁਲਿਸਿੰਗ ਦੇ ਨਤੀਜਿਆਂ ਨੂੰ ਮਜ਼ਬੂਤ ਕਰਨ ਵਿੱਚ ਕਮਿਊਨਿਟੀ ਭਾਗੀਦਾਰੀ ਨੂੰ ਮਹੱਤਵਪੂਰਨ ਦੱਸਿਆ। ਉਨ੍ਹਾਂ ਨੇ ਕਿਹਾ,“ਗੈਂਗਸਟਰਾਂ ‘ਤੇ ਵਾਰ’ ਦੇ ਤਹਿਤ, ਖੰਨਾ ਪੁਲਿਸ ਭਾਈਚਾਰਕ ਭਾਗੀਦਾਰੀ ਨੂੰ ਇੱਕ ਮੁੱਖ ਰਣਨੀਤੀ ਵਜੋਂ ਮਜ਼ਬੂਤ ਕਰ ਰਹੀ ਹੈ। ਹਾਲਾਂਕਿ ਇਸਨੂੰ ਅਕਸਰ ‘ਸਾਫਟ ਪੁਲਿਸਿੰਗ’ ਕਿਹਾ ਜਾਂਦਾ ਹੈ, ਪਰ ਇਸ ਪਹੁੰਚ ਨੇ ਜ਼ਮੀਨੀ ਪੱਧਰ ‘ਤੇ ਮਜ਼ਬੂਤ ਪ੍ਰਭਾਵ ਦਿਖਾਇਆ ਹੈ, ਖ਼ਾਸਕਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਜਿੱਥੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਾਰਵਾਈ ਕੀਤੀ ਗਈ ਹੈ। ‘ਘਰ-ਘਰ ਸੰਪਰਕ ਮੁਹਿੰਮ’ ਦੇ ਜ਼ਰੀਏ ਸਾਡੀਆਂ ਟੀਮਾਂ ਬਿਨਾਂ ਵਰਦੀ, ਸਿਵਲ ਕੱਪੜਿਆਂ ਵਿੱਚ ਸਿੱਧੇ ਲੋਕਾਂ ਨਾਲ ਜੁੜ ਰਹੀਆਂ ਹਨ। ਉਹ ਘਰ-ਘਰ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਰਹੀਆਂ ਹਨ ਅਤੇ ਮਹੱਤਵਪੂਰਨ ਮਨੁੱਖੀ ਖੁਫੀਆ ਜਾਣਕਾਰੀ ਇਕੱਠੀ ਕਰ ਰਹੀਆਂ ਹਨ।”

ਐਸਐਸਪੀ ਖੰਨਾ ਨੇ ਕਿਹਾ,“ਅਪਰਾਧ ਦੇ ਖ਼ਿਲਾਫ਼ ਲੜਾਈ ਇੱਕ ਸਾਂਝੀ ਲੜਾਈ ਹੈ, ਜਿਸਨੂੰ ਸਿਰਫ਼ ਪੁਲਿਸ ਇਕੱਲੀ ਨਹੀਂ ਜਿੱਤ ਸਕਦੀ, ਸਗੋਂ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤਿਆ ਜਾ ਸਕਦਾ ਹੈ।”

ਆਪਰੇਸ਼ਨ ਪ੍ਰਹਾਰ ਤਹਿਤ ਕੀਤੀਆਂ ਗ੍ਰਿਫ਼ਤਾਰੀਆਂ ਨੂੰ ਸਹਿਯੋਗੀਆਂ, ਰਿਸ਼ਤੇਦਾਰਾਂ ਅਤੇ ਅਣਪਛਾਤੇ ਵਿਅਕਤੀਆਂ ਦੀਆਂ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ। ਇਨ੍ਹਾਂ ਨੂੰ ਅੱਗੇ ਏ+, ਏ ਅਤੇ ਬੀ ਸ਼੍ਰੇਣੀਆਂ ਵਿੱਚ ਵੀ ਵੰਡਿਆ ਗਿਆ ਹੈ, ਤਾਂ ਜੋ ਅਪਰਾਧੀਆਂ ਦੀ ਬਿਹਤਰ ਨਿਗਰਾਨੀ ਯਕੀਨੀ ਬਣਾਈ ਜਾ ਸਕੇ ਅਤੇ ਸਮੁੱਚੇ ਪੰਜਾਬ ਵਿੱਚ ਇਹਤਿਆਤੀ  ਹਿਰਾਸਤ, ਪੁੱਛਗਿੱਛ ਅਤੇ ਕਾਨੂੰਨੀ ਕਾਰਵਾਈ ਦੀਆਂ ਰਣਨੀਤੀਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

 

 

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਦਾ ਜ਼ੋਰਦਾਰ ਸਮਰਥਨ ਕੀਤਾ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜਾਂ ਬੇਅਦਬੀ ਦੀ ਕੋਸ਼ਿਸ਼ ਲਈ ਉਮਰ ਕੈਦ ਅਤੇ 25 ਲੱਖ ਤੱਕ ਦੇ ਭਾਰੀ ਜੁਰਮਾਨੇ ਦੀ ਵਿਵਸਥਾ ਹੈ।

ਸ. ਖੁੱਡੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਿਆਨ ਦੀ ਸਦੀਵੀਂ ਜੋਤ ਦੱਸਦਿਆਂ ਉਨ੍ਹਾਂ ਪ੍ਰਤੀ ਸਿੱਖ ਭਾਈਚਾਰੇ ਦੇ ਡੂੰਘੇ ਸਤਿਕਾਰ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਮਰਿਆਦਾ ਅਤੇ ਸਤਿਕਾਰ ਦੇ ਬਾਵਜੂਦ ਵਾਰ-ਵਾਰ ਬੇਅਦਬੀ ਦੀਆਂ ਘਟਨਾਵਾਂ 'ਤੇ ਦੁੱਖ ਪ੍ਰਗਟ ਕੀਤਾ।

ਬੇਅਦਬੀ ਦੇ ਅਣਸੁਲਝੇ ਮਾਮਲਿਆਂ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ 1986 ਵੇਲੇ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਚੇਤੇ ਕੀਤਾ, ਜਦੋਂ ਅਖੌਤੀ ਪੰਥਕ ਸਰਕਾਰ ਸੱਤਾ ਵਿੱਚ ਸੀ। ਉਨ੍ਹਾਂ ਨੇ ਇਸ ਗੱਲ ‘ਤੇ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ ਕਿ ਇਸ ਸਬੰਧੀ ਜਸਟਿਸ ਗੁਰਨਾਮ ਸਿੰਘ ਰਿਪੋਰਟ ਨੂੰ ਅਣਡਿੱਠਾ ਕਰਕੇ ਪਤਾ ਨਹੀਂ ਕਿਹੜੇ ਖੱਲ-ਖੂੰਜੇ ਵਿੱਚ ਦਫ਼ਨਾ ਦਿੱਤਾ ਗਿਆ।

ਪਿਛਲੀਆਂ ਸਰਕਾਰਾਂ ਦੀ ਤਿੱਖੀ ਆਲੋਚਨਾ ਕਰਦਿਆਂ ਸ. ਖੁੱਡੀਆਂ ਨੇ ਦੋਸ਼ ਲਾਇਆ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸ਼ਾਮਲ ਜਾਂ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬਾਅਦ ਵਿੱਚ ਅਖੌਤੀ ਪੰਥਕ ਸਰਕਾਰ ਵੱਲੋਂ ਵੱਡੇ ਅਹੁਦੇ ਦੇ ਕੇ ਨਿਵਾਜਿਆ ਗਿਆ। ਇਸ ਤੋਂ ਵੱਧ ਸ਼ਰਮਨਾਕ ਕੀ ਹੋ ਸਕਦਾ ਹੈ? 1986 ਦੀ ਘਟਨਾ ਲਈ ਜ਼ਿੰਮੇਵਾਰ ਇੱਕ ਆਈ.ਏ.ਐਸ. ਅਤੇ ਇੱਕ ਆਈ.ਪੀ.ਐਸ. ਅਧਿਕਾਰੀ ਨੂੰ ਵੱਡੇ ਅਹੁਦੇ ਦਿੱਤੇ ਗਏ। ਅਕਾਲੀ ਦਲ ਦੀ ਸਰਕਾਰ ਵੇਲੇ ਅਜਿਹੇ ਲੋਕਾਂ ਨੂੰ ਹਮੇਸ਼ਾ ਬਚਾ ਕੇ ਰੱਖਿਆ ਗਿਆ।

ਇਸ ਤੋਂ ਬਾਅਦ ਖੇਤੀਬਾੜੀ ਮੰਤਰੀ ਨੇ 2015 ਵਿੱਚ ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਚੋਰੀ ਕੀਤੇ ਗਏ ਅਤੇ ਬੇਅਦਬੀ ਕੀਤੀ ਗਈ। ਜਦੋਂ ਸੰਗਤ ਇਸ ਦੇ ਵਿਰੋਧ ਵਿੱਚ ਸੜਕਾਂ 'ਤੇ ਉਤਰੀ ਤਾਂ ਤਤਕਾਲੀ ਉਪ ਮੁੱਖ ਮੰਤਰੀ ਨੇ ਸੜਕਾਂ ਨੂੰ ਖਾਲੀ ਕਰਵਾਈਆਂ ਅਤੇ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ 'ਤੇ ਗੋਲੀ ਚਲਾਈ ਗਈ। ਬਾਅਦ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਅਹੁਦੇ ਦੇ ਕੇ ਇਨਾਮ ਦਿੱਤਾ ਗਿਆ। ਬੇਅਦਬੀ ਦੀਆਂ ਇਹ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਗੁਰੂ ਨਾਨਕ ਨਾਮ ਲੇਵਾ ਸੰਗਤ  ਲਈ ਨਾ-ਬਰਦਾਸ਼ਤਯੋਗ ਹਨ। ਇਹਨਾਂ ਘਟਨਾਵਾਂ ਨੇ ਨਾ ਸਿਰਫ਼ ਸਿੱਖਾਂ ਸਗੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਆਸਥਾ ਰੱਖਣ ਵਾਲੇ ਵਿਸ਼ਵ ਭਰ ਵਿੱਚ ਵੱਸਦੇ  ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ।”

ਉਨ੍ਹਾਂ ਕਿਹਾ, "ਪਹਿਲਾਂ ਸਜ਼ਾ ਬਹੁਤ ਘੱਟ ਸੀ। ਦੋਸ਼ੀਆਂ ਨੂੰ ਆਸਾਨੀ ਨਾਲ ਜ਼ਮਾਨਤ ਮਿਲ ਜਾਂਦੀ ਸੀ। ਕਿਸੇ ਨੇ ਵੀ ਕਾਨੂੰਨ ਨੂੰ ਗੰਭੀਰਤਾ ਨਾਲ ਨਹੀਂ ਲਿਆ। ਹੁਣ ਇਸ ਮਾਮਲੇ ਵਿੱਚ ਉਮਰ ਕੈਦ ਅਤੇ 25 ਲੱਖ ਰੁਪਏ ਦੇ ਜੁਰਮਾਨੇ ਲਗਾਏ ਜਾਣਗੇ ਜਿਸ ਨਾਲ ਹੁਣ ਬੁਰੇ ਇਰਾਦੇ ਰੱਖਣ ਵਾਲੇ ਦੋ ਵਾਰ ਸੋਚਣਗੇ। ਇਸ ਕਾਨੂੰਨ ਦਾ ਡਰ ਸਾਡੇ ਗੁਰੂ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰੇਗਾ।"

ਆਨਲਾਈਨ ਅਤੇ ਸੋਸ਼ਲ ਮੀਡੀਆ 'ਤੇ ਗੁਰਬਾਣੀ ਦੇ ਸ਼ਬਦਾਂ ਨੂੰ ਜਾਣਬੁੱਝ ਕੇ ਤੋੜ-ਮਰੋੜ ਕੇ ਪੇਸ਼ ਕਰਨ ਉੱਤੇ ਚਿੰਤਾ ਪ੍ਰਗਟ ਕਰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, "ਜਦੋਂ ਵੀ ਗੁਰੂ ਸਾਹਿਬ ਦੇ ਕਿਸੇ ਸ਼ਬਦ ਨੂੰ ਤੋੜਿਆ-ਮਰੋੜਿਆ ਜਾਂਦਾ ਹੈ ਤਾਂ ਲੱਖਾਂ ਲੋਕਾਂ ਦੀ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਦੀ ਹੈ। ਅਜਿਹੇ ਕੰਮ ਭਾਈਚਾਰਕ ਸ਼ਾਂਤੀ ਅਤੇ ਸਦਭਾਵਨਾ ਨੂੰ ਵੀ ਭੰਗ ਕਰਦੇ ਹਨ। ਇਹ ਕਾਨੂੰਨ ਨਫ਼ਰਤ ਭਰੀਆਂ ਇਹਨਾਂ ਘਟਨਾਵਾਂ 'ਤੇ ਰੋਕ ਲਗਾਏਗਾ।" ਉਨ੍ਹਾਂ ਨੇ ਪੂਰੇ ਸਦਨ ਨੂੰ ਇਸ ਕਾਨੂੰਨ ਨੂੰ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਕੀਤੀ ਕਿਉਂਕਿ ਸਾਂਝਾ ਵਿਸ਼ਵਾਸ, ਸ਼ਾਂਤੀ ਅਤੇ ਪੰਜਾਬ ਦੀ ਸਦਭਾਵਨਾ ਅਤੇ ਸ਼ਾਂਤੀ ਇਸ 'ਤੇ ਨਿਰਭਰ ਕਰਦੀ ਹੈ। ਇਹ ਕਾਨੂੰਨ ਪੰਜਾਬ ਵਿੱਚ ਨਿਆਂ, ਸ਼ਾਂਤੀ ਅਤੇ ਇਨਸਾਫ਼ ਦਾ ਇੱਕ ਨਵਾਂ ਅਧਿਆਇ ਲਿਖੇਗਾ।

ਮੰਡੀ ਗੋਬਿੰਦਗੜ੍ਹ, 14 ਅਪ੍ਰੈਲ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੇ ਵਿਸਾਖੀ ਦੇ ਮੌਕੇ ’ਤੇ ਇੱਕ ਵਿਸ਼ੇਸ਼ ਸਕਾਲਰਸ਼ਿਪ ਸਕੀਮ, ‘ਵਿਸਾਖੀ ਵਾਰਦਾਨ - ਸੇਵਾ ਕਰਨ ਵਾਲੇ ਹੱਥਾਂ ਨੂੰ ਸਸ਼ਕਤ ਬਣਾਉਣਾ’ ਦਾ ਐਲਾਨ ਕੀਤਾ ਹੈ। ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਸੈਕਟਰ 8, ਚੰਡੀਗੜ੍ਹ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਦਾ ਉਦੇਸ਼ ਸੇਵਾਦਾਰਾਂ ਅਤੇ ਗੁਰਦੁਆਰਾ ਸਟਾਫ ਦੀ ਸੇਵਾ ਦਾ ਸਨਮਾਨ ਕਰਨਾ ਹੈ।
ਇਹ ਸਕਾਲਰਸ਼ਿਪ ਵਿਸ਼ੇਸ਼ ਤੌਰ ’ਤੇ ਗੁਰਦੁਆਰਾ ਸਾਹਿਬ ਦੇ ਕਰਮਚਾਰੀਆਂ ਅਤੇ ਸੇਵਾਦਾਰਾਂ ਦੇ ਬੱਚਿਆਂ ਅਤੇ ਆਸ਼ਰਿਤਾਂ ਲਈ ਹੈ, ਜੋ ਉਨ੍ਹਾਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਮਦਦ ਕਰਦੀ ਹੈ। ਅਧਿਕਾਰਤ ਘੋਸ਼ਣਾ ਦੇ ਅਨੁਸਾਰ, ਯੋਗ ਵਿਦਿਆਰਥੀਆਂ ਨੂੰ ਇਹਨਾਂ ਦਾ ਲਾਭ ਹੋਵੇਗਾ ਜਿਸ ਵਿੱਚ ਡਿਪਲੋਮਾ, ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਸਮੇਤ ਸਾਰੇ ਯੂਜੀਸੀ-ਨਿਯੰਤ੍ਰਿਤ ਨਿਯਮਤ ਪ੍ਰੋਗਰਾਮਾਂ ’ਤੇ 25% ਸਕਾਲਰਸ਼ਿਪ, ਔਨਲਾਈਨ ਲਰਨਿੰਗ (OL) ਅਤੇ ਓਪਨ ਐਂਡ ਡਿਸਟੈਂਸ ਲਰਨਿੰਗ (O4L) ਪ੍ਰੋਗਰਾਮਾਂ ’ਤੇ 50% ਸਕਾਲਰਸ਼ਿਪ ਪ੍ਰਦਾਨ ਕੀਤੀ ਜਾਵੇਗੀ।
ਇੰਜੀਨੀਅਰਿੰਗ ਅਤੇ ਮੈਨੇਜਮੈਂਟ ਤੋਂ ਲੈ ਕੇ ਆਰਟ, ਮੀਡੀਆ ਅਤੇ ਹਾਸਪਟੈਲਿਟੀ ਤੱਕ ਦੇ ਵਿਸ਼ਿਆਂ ਨੂੰ ਕਵਰ ਕਰਦੇ ਹੋਏ, ਇਹ ਯੋਜਨਾ ਡਿਪਲੋਮਾ ਤੋਂ ਪੀਐਚਡੀ ਤੱਕ ਦੇ ਪ੍ਰੋਗਰਾਮਾਂ ਲਈ ਹੈ, ਜੋ ਕਿ ਵਿਆਪਕ ਅਕਾਦਮਿਕ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ। ਇਹ ਯੋਗਤਾ ਨਿਯਮਾਂ ਦੇ ਅਧੀਨ, 2026-27 ਅਕਾਦਮਿਕ ਸੈਸ਼ਨ ਲਈ ਲਾਗੂ ਹੋਵੇਗੀ।
ਇਸ ਪਹਿਲਕਦਮੀ ’ਤੇ ਬੋਲਦਿਆਂ ਚਾਂਸਲਰ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਦੇਸ਼ ਭਗਤ ਯੂਨੀਵਰਸਿਟੀ ਵਿਖੇ, ਅਸੀਂ ‘ਸੇਵਾ’ ਦੀ ਭਾਵਨਾ ਦਾ ਸਨਮਾਨ ਕਰਨ ਵਿੱਚ ਦ੍ਰਿੜਤਾ ਨਾਲ ਵਿਸ਼ਵਾਸ ਰੱਖਦੇ ਹਾਂ। ’ਵਿਸਾਖੀ ਵਰਦਾਨ’ ਸਕੀਮ ਰਾਹੀਂ, ਅਸੀਂ ਸਮਾਜ ਦੀ ਨਿਰਸਵਾਰਥ ਸੇਵਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ ਮਿਆਰੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਕੇ ਸੇਵਾ ਨੂੰ ਸਸ਼ਕਤੀਕਰਨ ਵਿੱਚ ਬਦਲਣ ਵੱਲ ਇੱਕ ਨਿਮਰ ਕਦਮ ਚੁੱਕ ਰਹੇ ਹਾਂ।
ਇਸ ਮੌਕੇ 'ਤੇ ਡੀਬੀਯੂ ਦੇ ਚਾਂਸਲਰ ਡਾ. ਜੋਰਾ ਸਿੰਘ ਨੇ ਚੰਡੀਗੜ੍ਹ ਟ੍ਰਾਈਸਿਟੀ ਦੇ ਵੱਖ-ਵੱਖ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਦਸਤਾਰਾਂ ਭੇਟ ਕੀਤੀਆਂ। ਉਨ੍ਹਾਂ ਨੇ ਉਪ ਪ੍ਰਧਾਨ ਸ੍ਰੀ ਡੀਪੀਐਸ ਚੁੱਘ, ਸ੍ਰੀ ਭੂਪਿੰਦਰ ਸਿੰਘ ਅਤੇ ਸ੍ਰੀ ਸਤਨਾਮ ਸਿੰਘ (ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਸੈਕਟਰ 8, ਚੰਡੀਗੜ੍ਹ) ਨੂੰ ਸਕਾਲਰਸ਼ਿਪ ਦੇ ਦਸਤਾਵੇਜ਼ ਸੌਂਪੈ।
ਉਨ੍ਹਾਂ ਇਹ ਵੀ ਕਿਹਾ ਕਿ ਇਹ ਕਦਮ ਡੀਬੀਯੂ ਦੇ ਸਮਾਵੇਸ਼ੀ, ਮੁੱਲ-ਅਧਾਰਿਤ ਸਿੱਖਿਆ ਦੇ ਦ੍ਰਿਸ਼ਟੀਕੋਣ ਅਤੇ ਬਰਾਬਰ ਮੌਕਿਆਂ ਰਾਹੀਂ ਇੱਕ ਉੱਜਵਲ ਭਵਿੱਖ ਬਣਾਉਣ ਦੀ ਵਚਨਬੱਧਤਾ ਨੂੰ ਮਜ਼ਬੂਤ ਕਰਦਾ ਹੈ।

ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਵੱਲੋਂ ਅੱਜ ਇੱਕ ਸਖ਼ਤ ਸੋਧ ਬਿੱਲ ਪੇਸ਼ ਕੀਤਾ ਗਿਆ ਜਿਸ ਵਿੱਚ 'ਬੇਅਦਬੀ' ਦੇ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਦਾ ਨਿਯਮ ਬਣਾਇਆ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਬਿਲ ਨੂੰ ਨਿਆਂ ਦੀ ਦਿਸ਼ਾ ਵੱਲ ਇੱਕ ਇਤਿਹਾਸਕ ਅਤੇ ਅਹਿਮ ਕਦਮ ਕਰਾਰ ਦਿੱਤਾ ਹੈ।

ਅੱਜ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ। ਇਹ ਕਦਮ ਸੂਬਾ ਸਰਕਾਰ ਦੀ ਪਿਛਲੀਆਂ ਸਰਕਾਰਾਂ ਨਾਲੋਂ ਵੱਖਰੀ ਸੋਚ ਨੂੰ ਦਰਸਾਉਂਦਾ ਹੈ, ਜਿਸ ਤਹਿਤ ਸਰਕਾਰ ਨੇ ਸਖ਼ਤ, ਸਮਾਂਬੱਧ ਕਾਰਵਾਈ ਕਰਨ ਅਤੇ 'ਬੇਅਦਬੀ' ਦੇ ਮਾਮਲਿਆਂ ਵਿੱਚ ਸਮਝੌਤੇ ਦੀ ਕਿਸੇ ਵੀ ਗੁੰਜਾਇਸ਼ ਨੂੰ ਖਤਮ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਪੰਜਾਬ ਵਿਧਾਨ ਸਭਾ ਵਿੱਚ ਇਸ ਇਤਿਹਾਸਕ ਬਿੱਲ 'ਤੇ ਚਰਚਾ ਸ਼ੁਰੂ ਕਰਦਿਆਂ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮਾਣ ਮਹਿਸੂਸ ਕਰਦਿਆਂ ਕਿਹਾ, "ਮੈਂ ਅੱਜ ਸਿਰਫ਼ ਇੱਕ ਵਿਧਾਇਕ ਨਹੀਂ ਹਾਂ। ਮੈਂ ਉਸ ਧਰਤੀ ਦੀ ਆਵਾਜ਼ ਹਾਂ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 327 ਸਾਲ ਪਹਿਲਾਂ 13 ਅਪ੍ਰੈਲ ਨੂੰ ਸਾਰੇ ਸੰਸਾਰ ਨੂੰ ਖਾਲਸੇ ਦਾ ਤੋਹਫ਼ਾ ਦਿੱਤਾ ਸੀ।"

ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਦੀ ਤੁਲਨਾ ਪਿਛਲੀਆਂ ਸਰਕਾਰਾਂ ਨਾਲ ਕਰਦਿਆਂ ਉਨ੍ਹਾਂ ਕਿਹਾ, "ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਕਾਨੂੰਨ ਬਣਾਉਣ ਵਿੱਚ ਅਸਫਲ ਰਹੀਆਂ, ਸਗੋਂ ਇਹਨਾਂ ਵਿੱਚੋਂ ਕੁਝ ਆਗੂ ਤਾਂ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀ ਵੀ ਸਨ ਅਤੇ ਬਾਅਦ ਵਿੱਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੇ ਜ਼ੁਰਮ ਕਬੂਲਿਆ ਸੀ। ਅਸੀਂ ਨਿਮਰ ਪਿਛੋਕੜ ਵਾਲੇ ਹਾਂ ਅਤੇ ਇੱਥੇ ਪਹੁੰਚਣ ਦੀ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਅੱਜ ਇਸ ਸਰਕਾਰ ਰਾਹੀਂ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖੁਦ ਸਾਡੇ ਕੋਲੋਂ ਇਹ ਸੇਵਾ ਕਰਵਾ ਰਹੇ ਹਨ।"

ਮੰਤਰੀ ਨੇ ਬਿੱਲ ਦੀ ਸ਼ਲਾਘਾ ਕਰਦਿਆਂ ਇਸ ਨੂੰ ਇੱਕ ਵਿਆਪਕ ਅਤੇ ਦੂਰਦਰਸ਼ੀ ਕਾਨੂੰਨ ਦੱਸਿਆ। ਉਨ੍ਹਾਂ ਨੇ ਇਸ ਬਿਲ ਦੇ ਮੁੱਖ ਉਪਬੰਧਾਂ ਦੀ ਰੂਪਰੇਖਾ ਦਿੱਤੀ ਜਿਸ ਤਹਿਤ ਸਿਰਫ਼ ਡੀਐਸਪੀ-ਰੈਂਕ ਜਾਂ ਇਸ ਤੋਂ ਉੱਪਰ ਦੇ ਅਧਿਕਾਰੀ ਹੀ 'ਬੇਅਦਬੀ' ਮਾਮਲਿਆਂ ਦੀ ਜਾਂਚ ਕਰ ਸਕਦੇ ਹਨ ਅਤੇ ਜਾਂਚ ਤੇ ਮੁਕੱਦਮੇ ਲਈ ਸਖ਼ਤ ਸਮਾਂ-ਸੀਮਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਇਸ ਘੋਰ ਅਪਰਾਧ ਲਈ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਅਦਾਲਤ ਤੋਂ ਬਾਹਰ ਸਮਝੌਤੇ 'ਤੇ ਪਾਬੰਦੀ ਹੋਵੇਗੀ ਅਤੇ ਵਾਰੰਟ ਤੋਂ ਬਿਨਾਂ ਗ੍ਰਿਫਤਾਰੀਆਂ ਦੀ ਆਗਿਆ ਹੋਵੇਗੀ। ਦੋਸ਼ੀ ਠਹਿਰਾਏ ਜਾਣ 'ਤੇ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦਾ ਜੁਰਮਾਨਾ ਹੋਵੇਗਾ ਅਤੇ ਜਿਸ ਮਾਮਲੇ ਵਿੱਚ ਸ਼ਾਮਲ ਜਾਂ ਇਸ ਨੂੰ ਉਕਸਾਉਣ ਵਾਲਿਆਂ ਲਈ ਵੀ ਬਰਾਬਰ ਸਜ਼ਾ ਹੋਵੇਗੀ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਕਾਨੂੰਨ ਸਿਰਫ ਸਿੱਖ ਭਾਈਚਾਰੇ ਤੱਕ ਹੀ ਸੀਮਿਤ ਨਹੀਂ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਿੰਦੂਆਂ, ਮੁਸਲਮਾਨਾਂ ਅਤੇ ਉਨ੍ਹਾਂ ਸਾਰਿਆਂ ਲਈ ਇੱਕ ਸਤਿਕਾਰਤ ਗ੍ਰੰਥ ਹੈ ਜੋ ਵਿਸ਼ਵ ਪੱਧਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਦੇਸ਼ ਨੂੰ ਮੰਨਦੇ ਹਨ ਅਤੇ ਇਹ ਸਾਰੇ ਧਰਮਾਂ ਦੇ ਲੋਕਾਂ ਦੇ ਮਨਾਂ ਵਿੱਚ ਸ਼ਾਂਤੀ ਪ੍ਰਦਾਨ ਕਰਦੇ ਹਨ।”

ਆਪਣੇ ਹਲਕੇ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਚੱਕ-ਨਾਨਕੀ (ਹੁਣ ਸ੍ਰੀ ਅਨੰਦਪੁਰ ਸਾਹਿਬ) ਸ਼ਹਿਰ ਦੀ ਸਥਾਪਨਾ ਕੀਤੀ ਸੀ। ਉਨ੍ਹਾਂ ਅੱਗੇ ਕਿਹਾ “ਮੈਂ ਸੁਭਾਗਾ ਮਹਿਸੂਸ ਕਰਦਾ ਹਾਂ ਕਿ ਮੈਨੂੰ ਇਸ ਪਵਿੱਤਰ ਧਰਤੀ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਇਸ ਧਰਤੀ 'ਤੇ ਵਿਸ਼ੇਸ਼ ਸ਼ੈਸ਼ਨ ਕਰਵਾਇਆ।”

ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਹ ਸਾਡੇ ਸਿਰਾਂ 'ਤੇ ਹਮੇਸ਼ਾਂ ਹੱਥ ਰੱਖਣ ਅਤੇ ਇਸ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕਰਵਾਉਣ ਲਈ ਸੇਧ ਦੇਣ।

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ’ਚ ਕੀਤੀ ਇਸ ਯੋਜਨਾ ਦੀ ਸ਼ੁਰੂਆਤ
ਜਲੰਧਰ/ਬਿਊਰੋ ਨਿਊਜ਼  
ਪੰਜਾਬ ਵਿਚ ਅੱਜ 14 ਅਪ੍ਰੈਲ ਦਿਨ ਮੰਗਲਵਾਰ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਚ ਇਸਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਇਸ ਸਕੀਮ ਲਈ ਯੋਗ ਮਹਿਲਾ ਦੀਕਸ਼ਾ ਕੌਰ, ਸਿਮਰਨ, ਅਮਰਜੀਤ ਕੌਰ, ਹਰਬੰਸ ਕੌਰ ਅਤੇ ਨਿਸ਼ਾ ਨੂੰ ਸਰਟੀਫਿਕੇਟ ਦਿੱਤੇ। ਸੀਐਮ ਮਾਨ ਨੇ ਦੱਸਿਆ ਕਿ ਸਭ ਤੋਂ ਪਹਿਲਾਂ 9 ਵਿਧਾਨ ਸਭਾ ਹਲਕਿਆਂ ਵਿਚ ਇਸਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕਦੀ ਨਹੀਂ ਸੋਚਣਾ ਕਿ ਇਸ ਸਕੀਮ ਦਾ ਕਾਰਡ ਲੇਟ ਬਣਿਆ ਤੇ ਪੈਸੇ ਕਦੋਂ ਮਿਲਣਗੇ। ਭਗਵੰਤ ਮਾਨ ਨੇ ਦੱਸਿਆ ਇਸ ਯੋਜਨਾ ਤਹਿਤ ਪੈਸੇ ਉਸੇ ਦਿਨ ਤੋਂ ਦਿੱਤੇ ਜਾਣਗੇ, ਜਦੋਂ ਤੋਂ ਇਹ ਯੋਜਨਾ ਸ਼ੁਰੂ ਹੋ ਰਹੀ ਹੈ। ਮੁੱਖ ਮੰਤਰੀ ਨੇ ਮਹਿਲਾਵਾਂ ਨੂੰ ਕਿਹਾ ਕਿ ਐਕਟਿਵ ਰਾਜਨੀਤੀ ਵਿਚ ਆਓ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਬਿਨਾ ਘਰ ਨਹੀਂ ਚੱਲ ਸਕਦਾ ਤਾਂ ਦੇਸ਼ ਵੀ ਤੁਹਾਡੇ ਤੋਂ ਬਿਨਾ ਨਹੀਂ ਚੱਲ ਸਕਦਾ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਭਲਕੇ 15 ਅਪ੍ਰੈਲ ਤੋਂ 9 ਵਿਧਾਨ ਸਭਾ ਹਲਕਿਆਂ ਵਿਚ ਇਸ ਯੋਜਨਾ ਦਾ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚ ਆਦਮਪੁਰ, ਮਲੋਟ, ਸ੍ਰੀ ਆਨੰਦਪੁਰ ਸਾਹਿਬ, ਦਿ੍ਰੜਬਾ, ਸੁਨਾਮ, ਮੋਗਾ, ਕੋਟਕਪੂਰਾ, ਬਟਾਲਾ ਅਤੇ ਪਟਿਆਲਾ ਦਿਹਾਤੀ ਸ਼ਾਮਲ ਹੈ। ਇਸ ਤੋਂ ਬਾਅਦ ਪੰਜਾਬ ਦੇ ਬਾਕੀ 108 ਵਿਧਾਨ ਸਭਾ ਹਲਕਿਆਂ ਵਿਚ 15 ਮਈ ਤੋਂ ਰਜਿਸਟੇ੍ਰਸ਼ਨ ਸ਼ੁਰੂ ਹੋਵੇਗੀ। ਧਿਆਨ ਰਹੇ ਕਿ ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਹਰੇਕ ਮਹੀਨੇ 1,000 ਰੁਪਏ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।  

ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਟੇਕਿਆ ਮੱਥਾ

ਚੰਡੀਗੜ੍ਹ, 13 ਅਪ੍ਰੈਲ: 
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆਮ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨੀ ਢਾਂਚੇ ਅਤੇ ਨਿਆਂ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵਾਂ ਬਿੱਲ ਲਿਆਂਦਾ ਜਾ ਰਿਹਾ ਹੈ।

ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ, ਮੋਹਾਲੀ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਨੇ ਵਿਸਾਖੀ ਦੇ ਪਵਿੱਤਰ ਮੌਕੇ ਦੀਆਂ ਵਧਾਈਆਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਾਜਨਾ ਅਤੇ ਪੰਜ ਪਿਆਰਿਆਂ ਦੀ ਰਚਨਾ ਨਾਲ ਸਿੱਖਾਂ ਨੂੰ ਇੱਕ ਵਿਲੱਖਣ ਪਛਾਣ ਮਿਲੀ, ਜੋ ‘ਸਰਬੱਤ ਦਾ ਭਲਾ’ ਦੇ ਸਿਧਾਂਤ 'ਤੇ ਅਧਾਰਿਤ ਹੈ।

*ਨਿਆਂ ਅਤੇ ਰੋਕਥਾਮ ਪ੍ਰਤੀ ਵਚਨਬੱਧਤਾ*

ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ 'ਤੇ ਗੱਲ ਕਰਦਿਆਂ ਸੰਧਵਾਂ ਨੇ ਕਿਹਾ ਕਿ ਪਿਛਲੀਆਂ ਘਟਨਾਵਾਂ ਨੇ ਸਿੱਖ ਸੰਗਤ ਦੇ ਮਨਾਂ ਵਿੱਚ ਡੂੰਘੀ ਪੀੜ ਪੈਦਾ ਕੀਤੀ ਹੈ।
ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਪਰ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਹੋਰ ਸਖ਼ਤ ਕਾਨੂੰਨੀ ਪ੍ਰਬੰਧਾਂ ਦੀ ਲੋੜ ਹੈ।”
ਇਹ ਪ੍ਰਸਤਾਵਿਤ ਬਿੱਲ ਮੌਜੂਦਾ ਵਿਸ਼ੇਸ਼ ਸੈਸ਼ਨ ਦੌਰਾਨ ਪੇਸ਼ ਕੀਤਾ ਜਾਵੇਗਾ।

*ਤਫਤੀਸ਼ ਦੀ ਸਥਿਤੀ*

ਸਪੀਕਰ ਨੇ ਬਹਿਬਲ ਕਲਾਂ ਅਤੇ ਬਰਗਾੜੀ ਮਾਮਲਿਆਂ ਬਾਰੇ ਅਪਡੇਟ ਦਿੰਦਿਆਂ ਦੱਸਿਆ ਕਿ
ਲਗਭਗ ਸਾਰੇ ਮਾਮਲਿਆਂ ਦੀ ਜਾਂਚ ਮੁਕੰਮਲ ਹੋ ਚੁੱਕੀ ਹੈ।
ਇੱਕ ਮਾਮਲੇ ਤੋਂ ਇਲਾਵਾ ਬਾਕੀ ਸਾਰੇ ਮਾਮਲਿਆਂ ਵਿੱਚ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤੇ ਗਏ ਹਨ। ਮਾਮਲੇ ਹੁਣ ਅਦਾਲਤੀ ਵਿਚਾਰ ਅਧੀਨ ਹਨ।

*ਆਲੋਚਕਾਂ ਨੂੰ ਜਵਾਬ*

ਐਸ.ਜੀ.ਪੀ.ਸੀ ਵੱਲੋਂ ਉਠਾਏ ਗਏ ਇਤਰਾਜ਼ਾਂ ਬਾਰੇ ਪੁੱਛੇ ਜਾਣ 'ਤੇ ਸਪੀਕਰ ਸੰਧਵਾਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਇਨ੍ਹਾਂ ਮਸਲਿਆਂ ਨੂੰ ਸੁਲਝਾਉਣ ਲਈ ਉਨ੍ਹਾਂ ਕੋਲ ਕਾਫ਼ੀ ਮੌਕੇ ਸਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਨਿਆਂ ਨਹੀਂ ਦਿੱਤਾ, ਉਨ੍ਹਾਂ ਨੂੰ ਹੁਣ ਮੌਜੂਦਾ ਕੋਸ਼ਿਸ਼ਾਂ ਵਿੱਚ ਰੁਕਾਵਟ ਪਾਉਣ ਦਾ ਹੱਕ ਨਹੀਂ।

*ਏਕਤਾ ਦੀ ਅਪੀਲ*
ਅਖੀਰ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਉਮੀਦ ਜਤਾਈ ਕਿ ਪੰਜਾਬ ਵਿਧਾਨ ਸਭਾ ਦੇ ਸਾਰੇ ਮੈਂਬਰ, ਪਾਰਟੀ ਪੱਧਰ ਤੋਂ ਉਪਰ ਉੱਠ ਕੇ, ਇਸ ਬਿੱਲ ਨੂੰ ਇਕਸੁਰਤਾ ਨਾਲ ਪਾਸ ਕਰਨਗੇ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਆਪਸੀ ਸਾਂਝ, ਅਮਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਬਹੁਤ ਜ਼ਰੂਰੀ ਹੈ।

ਵੱਡੀ ਗਿਣਤੀ ’ਚ ਸੰਗਤ ਨੇ ਵੱਖ-ਵੱਖ ਗੁਰਦੁਆਰਾ ਸਾਹਿਬਨਾਂ ’ਚ ਟੇਕਿਆ ਮੱਥਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਚੰਡੀਗੜ੍ਹ ਸਣੇ ਦੇਸ਼ ਅਤੇ ਵਿਦੇਸ਼ਾਂ ਵਿਚ ਅੱਜ ਖਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਰਤਸਰ, ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਸਣੇ ਵੱਖ-ਵੱਖ ਗੁਰਦੁਆਰਾ ਸਾਹਿਬਨਾਂ ਵਿਖੇ ਮੱਥਾ ਟੇਕ ਕੇ ਆਪਣਾ ਜੀਵਨ ਸਫਲਾ ਕੀਤਾ ਹੈ। ਇਸ ਮੌਕੇ ਸੰਗਤ ਨੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਗੁਰਦੁਆਰਾ ਸਾਹਿਬਨਾਂ ਵਿਖੇ ਲੰਬੀਆਂ ਕਤਾਰਾਂ ਵਿੱਚ ਲੱਗ ਕੇ ਆਪਣੀ ਵਾਰੀ ਦੀ ਉਡੀਕ ਕੀਤੀ। ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਅਤੇ ਗੁਰੂ ਕਾ ਲੰਗਰ ਵੀ ਅਟੁੱਟ ਵਰਤਾਇਆ ਗਿਆ।

ਮੰਡੀ ਗੋਬਿੰਦਗੜ੍ਹ, 13 ਅਪ੍ਰੈਲ: ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਹੋਟਲ ਮੈਨੇਜਮੈਂਟ ਅਤੇ ਟੂਰਿਜ਼ਮ ਵੱਲੋਂ ਫਰੈਸ਼ਰ ਪਾਰਟੀ 2026 ‘ਸੈਲੀਬ੍ਰੇਟ ਦ ਬਿਗਨਿੰਗ’ ਦਾ ਜੋਸ਼ ਅਤੇ ਉਤਸ਼ਾਹ ਨਾਲ ਆਯੋਜਨ ਕੀਤਾ ਗਿਆ।
ਇਸ ਪ੍ਰੋਗਰਾਮ ਦਾ ਉਦੇਸ਼ ਨਵੇਂ ਦਾਖਲ ਹੋਏ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਨਾ ਅਤੇ ਉਨ੍ਹਾਂ ਨੂੰ ਗੱਲਬਾਤ ਕਰਨ, ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਵਿਭਾਗ ਦੇ ਅੰਦਰ ਆਪਣੇਪਣ ਦੀ ਭਾਵਨਾ ਵਿਕਸਤ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਸੀ।
ਇਸ ਸਮਾਗਮ ਵਿੱਚ ਕਈ ਤਰ੍ਹਾਂ ਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਨਾਚ, ਸੰਗੀਤ ਅਤੇ ਮਜ਼ੇਦਾਰ ਗਤੀਵਿਧੀਆਂ ਸ਼ਾਮਲ ਸਨ।  
ਇਸ ਮੌਕੇ ਨਵੇਂ ਵਿਦਿਆਰਥੀਆਂ ਨੇ ਪ੍ਰਤਿਭਾ ਪ੍ਰਦਰਸ਼ਨ ਅਤੇ ਇੰਟਰੈਕਟਿਵ ਸੈਸ਼ਨਾਂ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਅਤੇ ਵਿਸ਼ਵਾਸ ਨਾਲ ਆਪਣੀ ਸਿਰਜਣਾਤਮਕਤਾ ਅਤੇ ਹੁਨਰ ਦਾ ਪ੍ਰਦਰਸ਼ਨ ਕੀਤਾ।
ਇਸ ਸਮਾਗਮ ਵਿੱਚ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਦੀ ਮੌਜੂਦਗੀ ਰਹੀ, ਜਿਨ੍ਹਾਂ ਨੇ ਇਕੱਠ ਨੂੰ ਸੰਬੋਧਨ ਕੀਤਾ ਅਤੇ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਸਫ਼ਰ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੇ ਉਤਸ਼ਾਹਜਨਕ ਸ਼ਬਦਾਂ ਨੇ ਨਵੇਂ ਵਿਦਿਆਰਥੀਆਂ ਨੂੰ ਨਿੱਜੀ ਅਤੇ ਪੇਸ਼ੇਵਰ ਵਿਕਾਸ ਦੋਵਾਂ ’ਤੇ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ।
ਇਹ ਪ੍ਰੋਗਰਾਮ ਸਕੂਲ ਆਫ਼ ਹੋਟਲ ਮੈਨੇਜਮੈਂਟ ਅਤੇ ਟੂਰਿਜ਼ਮ ਦੇ ਡਾਇਰੈਕਟਰ ਡਾ. ਅਮਨ ਸ਼ਰਮਾ ਦੀ ਅਗਵਾਈ ਹੇਠ ਅਤੇ ਡਾ. ਰੁਪਿੰਦਰ ਕੌਰ, ਗੁਰਕਿਰਨ ਸਿੰਘ, ਨਿਵੇਦਿਤਾ ਅਤੇ ਸ੍ਰਿਸ਼ਟੀ ਸਮੇਤ ਫੈਕਲਟੀ ਮੈਂਬਰਾਂ ਦੇ ਸਮਰਪਿਤ ਯਤਨਾਂ ਹੇਠ ਆਯੋਜਿਤ ਕੀਤਾ ਗਿਆ, ਜਿਨ੍ਹਾਂ ਨੇ ਇਸਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਣਥੱਕ ਮਿਹਨਤ ਕੀਤੀ।  
ਇਸ ਸਮਾਗਮ ਦਾ ਇੱਕ ਮੁੱਖ ਆਕਰਸ਼ਣ ਟਾਈਟਲ ਵੰਡ ਸਮਾਰੋਹ ਸੀ, ਜਿੱਥੇ ਵਿਦਿਆਰਥੀਆਂ ਨੂੰ ਮਿਸਟਰ ਫਰੈਸ਼ਰ ਅਤੇ ਮਿਸ ਫਰੈਸ਼ਰ ਵਰਗੇ ਖਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ, ਨਾਲ ਹੀ ਉਨ੍ਹਾਂ ਦੇ ਆਤਮਵਿਸ਼ਵਾਸ, ਪ੍ਰਤਿਭਾ ਅਤੇ ਸਮੁੱਚੀ ਸ਼ਖਸੀਅਤ ਨੂੰ ਮਾਨਤਾ ਦੇਣ ਵਾਲੀਆਂ ਕਈ ਮਜ਼ੇਦਾਰ ਸ਼੍ਰੇਣੀਆਂ ਨਾਲ ਸਨਮਾਨਿਤ ਕੀਤਾ ਗਿਆ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.