Monday, 20 April 2026

ਪਿਛਲੇ ਸਾਲ ਜੁਲਾਈ ਵਿਚ ਵੀ 25 ਪਲੇਟਫਾਰਮਾਂ ’ਤੇ ਲਗਾਈ ਗਈ ਸੀ ਪਾਬੰਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ 5 ਆਨਲਾਈਨ ਸਟ੍ਰੀਮਿੰਗ ਪਲੇਟਫਾਰਮਾਂ ਨੂੰ ਬਲਾਕ ਕਰ ਦਿੱਤਾ ਹੈ। ਇਨ੍ਹਾਂ ਪਲੇਟਫਾਰਮਾਂ ਵਿਚ ਮੂਡ ਐਕਸ.ਵੀ.ਆਈ.ਪੀ., ਕੋਇਲ, ਪਲੇਪਰੋ, ਡਿਜ਼ੀ ਮੂਵੀ ਪਲੈਕਸ, ਫੀਲ ਅਤੇ ਜੁਗਨੂੰ ਸ਼ਾਮਿਲ ਹਨ। ਕੇਂਦਰ ਸਰਕਾਰ ਨੇ ਕਿਹਾ ਕਿ ਇਹ ਪਲੇਟਫਾਰਮ ਅਸ਼ਲੀਲ ਅਤੇ ਇਤਰਾਜ਼ਯੋਗ ਸਮੱਗਰੀ ਪ੍ਰਦਰਸ਼ਿਤ ਕਰ ਰਹੇ ਸਨ। ਇਹ ਸਮੱਗਰੀ ਆਈ.ਟੀ. ਐਕਟ 2000, ਆਈ.ਟੀ. ਨਿਯਮ 2021, ਭਾਰਤੀ ਦੰਡ ਸੰਹਿਤਾ ਦੀ ਧਾਰਾ 292 ਅਤੇ ਔਰਤਾਂ ਦੇ ਅਣ-ਉਚਿਤ ਚਿੱਤਰਣ ਨਾਲ ਸੰਬੰਧਿਤ ਕਾਨੂੰਨਾਂ ਦੀ ਉਲੰਘਣਾ ਕਰਦੀ ਪਾਈ ਗਈ ਹੈ। ਇਹ ਪਹਿਲੀ ਵਾਰ ਨਹੀਂ ਹੈ ਕਿ ਜਦੋਂ ਸਰਕਾਰ ਨੇ ਓ.ਟੀ.ਟੀ. ਪਲੇਟਫਾਰਮਾਂ ਨੂੰ ਬਲਾਕ ਕੀਤਾ ਹੈ। ਪਿਛਲੇ ਸਾਲ ਜੁਲਾਈ ਵਿਚ ਵੀ 25 ਪਲੇਟਫਾਰਮਾਂ ’ਤੇ ਪਾਬੰਦੀ ਲਗਾਈ ਗਈ ਸੀ।

ਚੰਡੀਗੜ੍ਹ, 24 ਫਰਵਰੀ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦਿਆਂ ਉਨ੍ਹਾਂ ਦੀ ਸੁਰੱਖਿਆ, ਸਿਹਤ ਅਤੇ ਸਮਾਜਿਕ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਇਸ ਦਿਸ਼ਾ ਵਿੱਚ ਸੂਬਾ ਪੱਧਰੀ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਲਗਾਏ ਗਏ ਸਿਹਤ ਚੈਕਅੱਪ ਕੈਂਪਾਂ ਦੌਰਾਨ 16,000 ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਰਜਿਸਟਰਡ ਕਰਕੇ ਉਨ੍ਹਾਂ ਨੂੰ ਸਰਕਾਰੀ ਭਲਾਈ ਸਹੂਲਤਾਂ ਨਾਲ ਜੋੜਿਆ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਸਿਟੀਜਨ ਐਕਸ਼ਨ ਪਲਾਨ ਅਧੀਨ ਵਿੱਤੀ ਸਾਲ 2025–26 ਦੌਰਾਨ ਬਜ਼ੁਰਗਾਂ ਲਈ ਲਗਾਏ ਜਾਣ ਵਾਲੇ ਸਿਹਤ ਚੈਕਅੱਪ ਕੈਂਪਾਂ ਅਤੇ ਹੋਰ ਸੰਬੰਧਿਤ ਗਤੀਵਿਧੀਆਂ ਲਈ ₹7.86 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ 4543 ਬਜ਼ੁਰਗਾਂ ਦਾ ਜਨਰਲ ਹੈਲਥ ਚੈਕਅੱਪ, 2071 ਦਾ ਆਰਥੋਪੈਡਿਕ ਮੁਆਇਨਾ, 3705 ਦੀਆਂ ਅੱਖਾਂ ਦੀ ਜਾਂਚ, 1129 ਨੇ ਯੋਗਾ ਸੈਸ਼ਨਾਂ ਵਿੱਚ ਭਾਗ, 1489 ਨੇ ਹੋਮਿਓਪੈਥਿਕ ਇਲਾਜ ਅਤੇ 2054 ਨੇ ਆਯੁਰਵੇਦਿਕ ਸੇਵਾਵਾਂ, ਸਹਾਇਕ ਉਪਕਰਣ ਅਤੇ ਹੋਰ ਸਹੂਲਤਾਂ ਦਾ ਲਾਭ ਲਿਆ।

ਉਨ੍ਹਾਂ ਹੋਰ ਦੱਸਿਆ ਕਿ ਅਲੀਮਕੋ ਸਕੀਮ ਤਹਿਤ 243 ਬਜ਼ੁਰਗ ਨਾਗਰਿਕ ਰਜਿਸਟਰਡ ਹੋਏ, ਜਿਨ੍ਹਾਂ ਵਿੱਚੋਂ 89 ਨੂੰ ਵੀਲ੍ਹਚੇਅਰ, ਐਨਕਾਂ ਅਤੇ ਸੁਣਨ ਯੰਤਰ ਪ੍ਰਦਾਨ ਕੀਤੇ ਗਏ। ਇਸ ਤੋਂ ਇਲਾਵਾ 355 ਬਜ਼ੁਰਗਾਂ ਦੇ ਬੁਢਾਪਾ ਪੈਨਸ਼ਨ ਫਾਰਮ ਤਿਆਰ ਕੀਤੇ ਗਏ ਅਤੇ 393 ਨੂੰ ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕੀਤੇ ਗਏ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਅਧਿਕਤਰ ਜ਼ਿਲ੍ਹਿਆਂ ਵਿੱਚ ਸਿਹਤ ਚੈਕਅੱਪ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਸਮੇਤ ਕਈ ਜ਼ਿਲ੍ਹੇ ਸ਼ਾਮਲ ਹਨ, ਜਦਕਿ ਫਰੀਦਕੋਟ ਅਤੇ ਸੰਗਰੂਰ ਵਿੱਚ ਜਲਦ ਇਹ ਕੈਂਪ ਲਗਾਏ ਜਾਣਗੇ।

ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਰਾਜ ਐਕਸ਼ਨ ਪਲਾਨ ਅਧੀਨ ਇਸ ਬਜਟ ਅਲਾਟਮੈਂਟ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਚੈਕਅੱਪ ਕੈਂਪਾਂ ਅਤੇ ਸੰਬੰਧਿਤ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਕੈਂਪਾਂ ਵਿੱਚ ਬਜ਼ੁਰਗ ਨਾਗਰਿਕਾਂ ਨੂੰ ਮੋਤੀਆਬਿੰਦ ਸਰਜਰੀ, ਮੁਫ਼ਤ ਸਹਾਇਕ ਉਪਕਰਣਾਂ ਦੀ ਵੰਡ, ਬੁਢਾਪਾ ਪੈਨਸ਼ਨ ਸਹੂਲਤ, ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕਰਨ ਦੇ ਨਾਲ-ਨਾਲ ਯੋਗਾ ਕੈਂਪਾਂ, ਕਾਨੂੰਨੀ ਜਾਗਰੂਕਤਾ ਪ੍ਰੋਗਰਾਮਾਂ ਅਤੇ ਹੋਰ ਜਾਗਰੂਕਤਾ ਗਤੀਵਿਧੀਆਂ ਦੀ ਸਹੂਲਤ ਇਕ ਹੀ ਛੱਤ ਹੇਠ ਮੁਹੱਈਆ ਕਰਵਾਈ ਗਈ। ਇਸ ਤਹਿਤ 2187 ਬਜ਼ੁਰਗ ਨਾਗਰਿਕਾਂ ਨੂੰ "ਮੈਨਟੀਨੈਂਸ ਐਂਡ ਵੈਲਫੇਅਰ ਆਫ਼ ਪੇਰੈਂਟਸ ਐਂਡ ਸੀਨੀਅਰ ਸਿਟੀਜਨ ਐਕਟ-2007"  ਬਾਰੇ ਜਾਣਕਾਰੀ ਦਿੱਤੀ ਗਈ।

ਇਸ ਤੋਂ ਇਲਾਵਾ, ਬਜ਼ੁਰਗ ਨਾਗਰਿਕਾਂ ਨੂੰ ਜਾਗਰੂਕ ਸਮਾਜ ਨਾਲ ਜੋੜ ਕੇ ਰੱਖਣ ਲਈ ਪ੍ਰੋਡਕਟਿਵ ਅਤੇ ਇੰਟਰ-ਜਨਰੇਸ਼ਨਲ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਨ੍ਹਾਂ ਅਧੀਨ 379 ਬਜ਼ੁਰਗ ਨਾਗਰਿਕਾਂ ਨੇ ਪ੍ਰੋਡਕਟਿਵ ਅਤੇ ਐਕਟਿਵ ਏਜਿੰਗ ਕੈਂਪਾਂ ਵਿੱਚ ਭਾਗ ਲਿਆ, ਜਦਕਿ 140 ਬਜ਼ੁਰਗਾਂ ਨੇ ਗਿੱਧਾ, ਭੰਗੜਾ, ਕਵਿਤਾ ਅਤੇ ਨਾਟਕ ਵਰਗੀਆਂ ਸਾਂਝੀ ਪੀੜ੍ਹੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਕੀਤੀ। ਇਸਦੇ ਨਾਲ ਹੀ 1841 ਬਜ਼ੁਰਗ ਨਾਗਰਿਕਾਂ ਨੇ ਯੋਗਾ ਕੈਂਪਾਂ ਵਿੱਚ ਭਾਗ ਲੈ ਕੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਵੱਲ ਮਜ਼ਬੂਤ ਕਦਮ ਵਧਾਇਆ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਕੀਮਤੀ ਸਰਮਾਇਆ ਹਨ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਮਾਨ ਸਰਕਾਰ ਦੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਤਦੋਂ ਹੀ ਸਫਲ ਹੋਵੇਗੀ ਜਦੋਂ ਪਰਿਵਾਰ ਅਤੇ ਸਮਾਜ ਮਿਲ ਕੇ ਬਜ਼ੁਰਗ ਨਾਗਰਿਕਾਂ ਨੂੰ ਇਨ੍ਹਾਂ ਸਿਹਤ ਕੈਂਪਾਂ ਤੱਕ ਲਿਆਉਣ ਵਿੱਚ ਸਰਗਰਮ ਸਹਿਯੋਗ ਕਰਨਗੇ।

ਮਾਨਸਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੇ ਦਹਾਕਿਆਂ ਦੇ ਸ਼ਾਸਨ ਨੇ ਜਾਣ-ਬੁੱਝ ਕੇ ਪੰਜਾਬ ਦੇ ਬੱਚਿਆਂ ਨੂੰ ਅਨਪੜ੍ਹ ਰੱਖਿਆ, ਜਦੋਂ ਕਿ ਸਿਆਸੀ ਪਰਿਵਾਰ ਵਧਦੇ-ਫੁੱਲਦੇ ਰਹੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਕਦੇ ਵੀ ਲੋਕਾਂ ਦੀ ਤਰੱਕੀ ਦੀ ਚਿੰਤਾ ਨਹੀਂ ਸੀ, ਸਗੋਂ ਸਿਰਫ਼ ਆਪਣੇ ਧੀਆਂ-ਪੁੱਤਰਾਂ ਅਤੇ ਰਿਸ਼ਤੇਦਾਰਾਂ ਲਈ ਸੱਤਾ ਹਾਸਲ ਕਰਨ ਦੀ ਚਿੰਤਾ ਸੀ। ਸਰਦੂਲਗੜ੍ਹ ਵਿੱਚ ਸਰਕਾਰੀ ਆਈ.ਟੀ.ਆਈ., ਜੋ ਹਰ ਸਾਲ 240 ਵਿਦਿਆਰਥੀਆਂ ਨੂੰ ਹੁਨਰਮੰਦ ਬਣਾਏਗੀ, ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਹੁਣ ਚੋਣ ਸੁਪਨਾ ਪੂਰਾ ਕਰਨ ਲਈ ਦੂਜੀਆਂ ਪਾਰਟੀਆਂ ਦੇ ਦਲ-ਬਦਲੂਆਂ `ਤੇ ਨਿਰਭਰ ਕਰ ਰਹੀ ਹੈ ਪਰ ਪੰਜਾਬ ਨੇ ਵੱਖਰਾ ਰਸਤਾ ਚੁਣਿਆ ਹੈ।

ਪੰਜਾਬ ਸਰਕਾਰ ਵੱਲੋਂ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਅਤੇ ਤਰੱਕੀ `ਤੇ ਖ਼ਰਚਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ‘ਆਪ` ਸਰਕਾਰ, ਪੰਜਾਬ ਵਿਕਾਸ ਦੇ ਲਈ ਨਵੇਂ ਇੰਜਣ `ਤੇ ਚੱਲ ਰਹੀ ਹੈ, ਜਦੋਂ ਕਿ ਭਾਜਪਾ, ਅਕਾਲੀ ਦਲ ਤੇ ਕਾਂਗਰਸ ਦੇ ਇੰਜਣ ਪੁਰਾਣੇ ਹੋ ਚੁੱਕੇ ਹਨ ਅਤੇ ਸੂਬੇ ਨੂੰ ਅੱਗੇ ਵਧਾਉਣ ਦੇ ਸਮਰੱਥ ਨਹੀਂ ਹਨ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਖ਼ੁਦ ਇਕ ਡਾਇਨਾਸੋਰ ਹੈ, ਜਿਸ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਕਮਾਈ ਨੂੰ ਹੜੱਪ ਲਿਆ। ਜਿੱਥੇ ‘ਆਪ` ਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਅਕਾਲੀ ਦਲ ਸੂਬੇ ਦੇ ਨੌਜਵਾਨਾਂ ਨੂੰ ਡਾਇਨਾਸੋਰ ਯੁੱਗ ਵਿੱਚ ਵਾਪਸ ਖਿੱਚਣ `ਤੇ ਤੁਲਿਆ ਹੋਇਆ ਹੈ।"

ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਡਾਇਨਾਸੋਰ ਮਨੁੱਖਾਂ ਲਈ ਘਾਤਕ ਸਨ। ਉਨ੍ਹਾਂ ਕਿਹਾ ਕਿ ਡਾਇਨਾਸੋਰ ਅਕਾਲੀਆਂ ਦਾ ਪਸੰਦੀਦਾ ਜਾਨਵਰ ਹੈ ਕਿਉਂਕਿ ਅਕਾਲੀਆਂ ਨੇ ਵੀ ਪੰਜਾਬ ਤੇ ਪੰਜਾਬੀਆਂ ਦੀ ਮਿਹਨਤ ਦੀ ਕਮਾਈ ਖਾਧੀ ਹੈ। ਉਨ੍ਹਾਂ ਕਿਹਾ, “ਲੋਕ ਕਦੇ ਵੀ ਅਜਿਹੇ ਆਗੂਆਂ ਨੂੰ ਨਹੀਂ ਚੁਣਨਗੇ, ਜਿਨ੍ਹਾਂ ਨੇ ਸੂਬੇ ਨੂੰ ਬਰਬਾਦ ਕੀਤਾ ਹੈ ਅਤੇ ਆਪਣੀਆਂ ਘਿਨਾਉਣੀਆਂ ਹਰਕਤਾਂ ਨਾਲ ਸਾਡੀਆਂ ਪੀੜ੍ਹੀਆਂ ਨੂੰ ਹੜੱਪ ਲਿਆ ਹੈ।"

ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ `ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਚਾਲ ਦਾ ਅਸਲੀ ਨਾਮ ‘ਪਰਿਵਾਰ ਬਚਾਓ ਯਾਤਰਾ` ਹੈ। ਉਨ੍ਹਾਂ ਕਿਹਾ, “ਮੈਂ ਅਕਾਲੀ ਆਗੂਆਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਇਹ ਦੱਸਣ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਸੂਬੇ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਲੋਕਾਂ ਨੇ ਅਕਾਲੀਆਂ ਨੂੰ ਚੁਣਿਆ ਸੀ ਪਰ ਉਹ ਗੱਦਾਰ ਸਾਬਤ ਹੋਏ ਅਤੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਜਦੋਂ ਸਮੁੱਚੀ ਕਿਸਾਨੀ ਆਪਣੇ ਹੱਕਾਂ ਲਈ ਲੜ ਰਹੀ ਸੀ ਤਾਂ ਅਕਾਲੀਆਂ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਆਪਣੀ ਕੁਰਸੀ ਬਚਾਉਣ ਖ਼ਾਤਰ ਕਾਲੇ ਖੇਤੀ ਕਾਨੂੰਨਾਂ `ਤੇ ਮੋਦੀ ਸਰਕਾਰ ਦਾ ਸਮਰਥਨ ਕੀਤਾ ਸੀ।

ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਪੰਥ ਦੀ ਦੁਰਵਰਤੋਂ ਕੀਤੀ ਹੈ, ਜਿਸ ਕਾਰਨ ਲੋਕਾਂ ਵੱਲੋਂ ਉਨ੍ਹਾਂ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ। ਭਾਜਪਾ `ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਭਗਵਾਂ ਪਾਰਟੀ ਚੋਣਾਂ ਜਿੱਤਣ ਦੀ ਉਮੀਦ ਵਿੱਚ ਦੂਜੀਆਂ ਪਾਰਟੀਆਂ ਦੇ ਦਲਬਦਲੂਆਂ `ਤੇ ਨਿਰਭਰ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਦੀ ਇਹ ਰਣਨੀਤੀ ਪੰਜਾਬ ਵਿੱਚ ਕੰਮ ਨਹੀਂ ਕਰੇਗੀ ਕਿਉਂਕਿ ਦੂਜੀਆਂ ਮਸ਼ੀਨਾਂ ਦੇ ਖਰਾਬ ਹੋਏ ਪੁਰਜ਼ਿਆਂ ਵਾਲਾ ਇੰਜਣ ਜ਼ਿਆਦਾ ਦੇਰ ਨਹੀਂ ਚੱਲ ਸਕੇਗਾ।"

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਸਾੜਾ ਰੱਖਦੀਆਂ ਹਨ ਕਿਉਂਕਿ ਉਹ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਇਕ ਆਮ ਆਦਮੀ ਦਾ ਪੁੱਤਰ ਸੂਬੇ ਦਾ ਸ਼ਾਸਨ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, “ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਪੰਜਾਬ ਦੇ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ।”

ਉਨ੍ਹਾਂ ਦੁਹਰਾਇਆ ਕਿ ਪੁਰਾਣੇ ਸ਼ਾਸਕ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਵਧੇਰੇ ਚਿੰਤਤ ਸਨ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ `ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੂਰੇ ਸੂਬੇ ਦੇ ਸਕੂਲਾਂ ਨੂੰ ਸਿਰਫ਼ ‘ਮਿਡ-ਡੇਅ ਮੀਲ` ਕੇਂਦਰਾਂ ਵਿੱਚ ਬਦਲ ਦਿੱਤਾ ਸੀ ਪਰ ਹੁਣ ਇਨ੍ਹਾਂ ਸਕੂਲਾਂ ਨੂੰ ਸਿੱਖਿਆ ਦੇ ਕੇਂਦਰਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ, “ਆਪ ਸਰਕਾਰ ਸੂਬੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਅਤੇ ਗਰੀਬ ਵਿਦਿਆਰਥੀਆਂ ਤੱਕ ਮਿਆਰੀ ਸਿੱਖਿਆ ਦੀ ਪਹੁੰਚ ਯਕੀਨੀ ਬਣਾਉਣ ਦੇ ਮਿਸ਼ਨ `ਤੇ ਕੰਮ ਕਰ ਰਹੀ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਵਿੱਚ 118 ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਗਏ ਹਨ ਅਤੇ ਅਧਿਆਪਕਾਂ ਦਾ ਅਧਿਆਪਨ ਹੁਨਰ ਤਰਾਸ਼ਣ ਲਈ ਸਿਖਲਾਈ ਵਾਸਤੇ ਫਿਨਲੈਂਡ ਅਤੇ ਸਿੰਗਾਪੁਰ ਭੇਜਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਅਤੇ ਅਕਾਲੀਆਂ ਦਾ ਸਿਰਫ਼ ਚਾਰ ਨੁਕਾਤੀ ਏਜੰਡਾ ਹੈ, ਜੋ ਆਪਣੀ, ਆਪਣੇ ਪੁੱਤਰਾਂ, ਜੀਜੇ ਅਤੇ ਸਾਲੇ ਦੀ ਭਲਾਈ ਯਕੀਨੀ ਬਣਾਉਣਾ ਹੈ। ਸਿੱਖਿਆ ਤਰੱਕੀ ਦੀ ਕੁੰਜੀ ਹੈ, ਸਾਡੀ ਸਰਕਾਰ ਨੇ ਇਸ ਖੇਤਰ ਦੇ ਵਿਕਾਸ `ਤੇ ਜ਼ੋਰ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕੋਈ ਵਿਅਕਤੀ ਆਪਣੀ ਦੌਲਤ ਨਾਲ ਨਹੀਂ, ਸਗੋਂ ਆਪਣੇ ਬੱਚਿਆਂ ਦੀ ਸਿੱਖਿਆ ਦੇ ਸਰਮਾਏ ਨਾਲ ਅਮੀਰ ਕਹਾਏਗਾ।"

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਵਰਤ ਰਹੀ ਹੈ। ਉਨ੍ਹਾਂ ਕਿਹਾ, “ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਇੱਥੋਂ ਤੱਕ ਕਿ ਕਿਸਾਨਾਂ ਨੂੰ ਵੀ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਬੇਮਿਸਾਲ ਹੈ। ਅਜਿਹੇ ਸਮੇਂ ਵਿੱਚ ਜਦੋਂ ਕੇਂਦਰ ਸਰਕਾਰ ਵੱਲੋਂ ਦੇਸ਼ ਦੀਆਂ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਮਾਮੂਲੀ ਕੀਮਤਾਂ `ਤੇ ਦਿੱਤੀਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੇ ਇਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਸੂਬਾ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ 21 ਫੀਸਦੀ ਨਹਿਰੀ ਪਾਣੀ ਹੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ। ਇਹ ਬਹੁਤ ਮਾਣ ਦੀ ਗੱਲ ਹੈ ਕਿ ਅੱਜ 68 ਫੀਸਦੀ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 6,900 ਕਿਲੋਮੀਟਰ ਲੰਮੇ 18,349 ਖਾਲਿਆਂ ਨੂੰ ਮੁੜ ਬਹਾਲ ਕੀਤਾ ਗਿਆ ਹੈ ਤਾਂ ਜੋ ਟੇਲਾਂ 'ਤੇ ਪਾਣੀ ਮੁਹੱਈਆ ਕਰਵਾਇਆ ਜਾ ਸਕੇ ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ। ਇਹ ਯੋਜਨਾ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਸਹੂਲਤ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਲੋਕਾਂ 'ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ “ਪੰਜਾਬ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਜਿਸ ਨਾਲ ਸਮਾਜ ਦਾ ਹਰ ਵਰਗ ਖੁਸ਼ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ 'ਮੇਰੀ ਰਸੋਈ ਯੋਜਨਾ' ਸ਼ੁਰੂ ਕੀਤੀ ਹੈ। "ਇਸ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਹਰੇਕ ਤਿਮਾਹੀ ਮੁਫ਼ਤ ਰਾਸ਼ਨ ਕਿੱਟਾਂ ਮਿਲਣਗੀਆਂ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਕਣਕ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਇਹ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਹੈ ਕਿ ਦੇਸ਼ ਵਿੱਚ ਕੋਈ ਵੀ ਭੁੱਖਾ ਨਾ ਸੌਂਵੇ ਅਤੇ ਸਾਡਾ ਸੂਬਾ ਹਮੇਸ਼ਾ ਦੇਸ਼ ਨੂੰ ਅਨਾਜ ਦੇਣ ਵਿੱਚ ਮੋਹਰੀ ਰਿਹਾ ਹੈ। ਹਾਲਾਂਕਿ, ਪੰਜਾਬ ਵਿੱਚ ਅਜੇ ਵੀ ਕੁਝ ਪਰਿਵਾਰ ਹਨ ਜੋ ਰੋਜ਼ਾਨਾ ਰੋਜ਼ੀ-ਰੋਟੀ ਲਈ ਸੰਘਰਸ਼ ਕਰਦੇ ਹਨ।"
ਮੁੱਖ ਮੰਤਰੀ ਨੇ ਕਿਹਾ, "ਇਸ ਯੋਜਨਾ ਤਹਿਤ ਪੰਜਾਬ ਸਰਕਾਰ 40 ਲੱਖ ਪਰਿਵਾਰਾਂ ਨੂੰ ਭੋਜਨ ਕਿੱਟਾਂ ਪ੍ਰਦਾਨ ਕਰੇਗੀ ਅਤੇ ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇਕ ਕਿਲੋ ਲੂਣ, 200 ਗ੍ਰਾਮ ਹਲਦੀ ਪਾਊਡਰ ਅਤੇ ਇਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ। ਇਹ ਭੋਜਨ ਕਿੱਟਾਂ ਐਨ.ਐਫ.ਐਸ.ਏ. ਅਧੀਨ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਖੇਤਰ ਦੇ ਧੰਨਵਾਦੀ ਹਨ, ਜਿਸ ਨੇ ਹਮੇਸ਼ਾ ਇਕ ਕਲਾਕਾਰ ਵਜੋਂ ਅਤੇ ਹੁਣ ਇਕ ਸਿਆਸਤਦਾਨ ਵਜੋਂ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ, “ਮੈਂ ਇਸ ਪਿਆਰ ਲਈ ਹਮੇਸ਼ਾ ਇਸ ਖੇਤਰ ਦੇ ਲੋਕਾਂ ਦਾ ਰਿਣੀ ਰਹਾਂਗਾ। ਇਸ ਖੇਤਰ ਨੂੰ ਪਹਿਲਾਂ ਪਛੜਿਆ ਖੇਤਰ ਕਿਹਾ ਜਾਂਦਾ ਸੀ ਅਤੇ ਇੱਥੋਂ ਤੱਕ ਕਿ ਸੂਬਾ ਸਰਕਾਰ ਵੀ ਇਸ ਲਈ ਸਰਟੀਫਿਕੇਟ ਜਾਰੀ ਕਰਦੀ ਸੀ ਅਤੇ ਇਸ ਖੇਤਰ ਦੀ ਤਰੱਕੀ 'ਤੇ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ। 'ਆਪ' ਸਰਕਾਰ ਵਿਕਾਸ ਪ੍ਰੋਜੈਕਟ ਸ਼ੁਰੂ ਕਰਕੇ ਇਸ ਇਲਾਕੇ ਤੋਂ ਪੱਛੜੇਪਣ ਦੇ ਸਿਰਨਾਵੇਂ ਨੂੰ ਹਟਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਨੌਜਵਾਨਾਂ ਨੂੰ ਹੁਨਰ-ਅਧਾਰਿਤ ਸਿਖਲਾਈ ਅਤੇ ਤਕਨੀਕੀ ਕੋਰਸ ਪ੍ਰਦਾਨ ਕਰਨ ਲਈ ਪਿੰਡ ਫਤਿਹਗੜ੍ਹ ਸਾਹਨੇਵਾਲੀ ਵਿੱਚ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਿਆ ਗਿਆ ਹੈ।”
ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਲਈ ਪੰਜ ਏਕੜ ਜ਼ਮੀਨ ਮੁਫਤ ਦੇਣ ਲਈ ਫਤਿਹਗੜ੍ਹ ਸਾਹਨੇਵਾਲੀ ਪੰਚਾਇਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਈ.ਟੀ.ਆਈ. ਦੀ ਉਸਾਰੀ, ਸਟਾਫ ਦੀ ਭਰਤੀ, ਬੁਨਿਆਦੀ ਢਾਂਚਾ ਅਤੇ ਹੋਰ ਖਰਚਿਆਂ 'ਤੇ ਲਗਭਗ 24.50 ਕਰੋੜ ਰੁਪਏ ਖਰਚ ਆਉਣਗੇ। ਉਨ੍ਹਾਂ ਕਿਹਾ, “240 ਵਿਦਿਆਰਥੀਆਂ ਦੀ ਸਮਰੱਥਾ ਵਾਲੀ ਇਹ ਸੰਸਥਾ ਪੰਜ ਟਰੇਡਾਂ ਜਿਵੇਂ ਇਲੈਕਟ੍ਰੀਸ਼ੀਅਨ, ਮਕੈਨਿਕ ਇਲੈਕਟ੍ਰਿਕ ਵਾਹਨ, ਰੈਫ੍ਰੀਜ੍ਰੇਸ਼ਨ ਅਤੇ ਏਅਰ ਕੰਡੀਸ਼ਨਰ ਟੈਕਨੀਸ਼ੀਅਨ, ਇੰਡਸਟਰੀਅਲ ਰੋਬੌਟਿਕਸ ਅਤੇ ਡਿਜੀਟਲ ਮੈਨੂਫੈਕਚਰਿੰਗ ਟੈਕਨੀਸ਼ੀਅਨ ਅਤੇ ਸੀ.ਐਨ.ਸੀ. ਮਸ਼ੀਨਿੰਗ ਟੈਕਨੀਸ਼ੀਅਨ ਵਿੱਚ ਸਿਖਲਾਈ ਪ੍ਰਦਾਨ ਕਰੇਗੀ। ਇਸ ਆਈ.ਟੀ.ਆਈ. ਨਾਲ ਖੇਤਰ ਦੇ ਪੇਂਡੂ ਨੌਜਵਾਨਾਂ ਨੂੰ ਆਪਣੇ ਘਰਾਂ ਦੇ ਨੇੜੇ ਹੁਨਰ ਅਧਾਰਿਤ ਸਿੱਖਿਆ ਦਾ ਮੌਕਾ ਮਿਲੇਗਾ।”  
ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 17.31 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੇਂ ਪੁਲ ਬਣ ਰਹੇ ਹਨ, ਜਿਸ ਨਾਲ ਘੱਗਰ ਨਦੀ ਦੇ ਨਾਲ ਲੱਗਦੇ ਸਰਦੂਲਗੜ੍ਹ ਹਲਕੇ ਦੇ ਲਗਭਗ 27 ਪਿੰਡਾਂ ਦੇ ਵਸਨੀਕਾਂ ਨੂੰ ਨਦੀ ਪਾਰ ਕਰਨ ਲਈ ਲੰਮਾ ਰਸਤਾ ਤੈਅ ਕਰਨਾ ਪੈਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਪਿੰਡ ਭਲੂਆਣਾ ਵਿਖੇ  12.03 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪੁਲ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪਿੰਡ ਬਾਰਨ ਵਿਖੇ 5.28 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਸਟੀਲ ਪੁਲ ਬਣਾਇਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦਾ ਵਾਧੂ ਸਫ਼ਰ 5 ਤੋਂ 9 ਕਿਲੋਮੀਟਰ ਤੱਕ ਘਟ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਸਰਦੂਲਗੜ੍ਹ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ਹਿਰ ਵਿੱਚ 39 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਖੋਲ੍ਹਿਆ ਜਾ ਰਿਹਾ ਹੈ ਜਿਸ ਵਿੱਚ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮਾਂ ਦੇ ਮੁਫ਼ਤ ਟੈਸਟ ਕੀਤੇ ਜਾਣਗੇ। ਉਨ੍ਹਾਂ ਕਿਹਾ, “ਪਿੰਡ ਭਗਵਾਨਪੁਰ ਹਿੰਗਾ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੇਸ ਕਲੀਨਿਕ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਦੂਲਗੜ੍ਹ ਸਬ-ਡਵੀਜ਼ਨਲ ਹਸਪਤਾਲ ਦੇ ਨਾਲ 49 ਲੱਖ ਰੁਪਏ ਦੀ ਲਾਗਤ ਨਾਲ ਬਲਾਕ ਪਬਲਿਕ ਹੈਲਥ ਯੂਨਿਟ ਬਣਾਇਆ ਜਾਵੇਗਾ, ਜੋ ਇੱਕ ਛੱਤ ਹੇਠ ਲੈਬ ਸੇਵਾਵਾਂ ਪ੍ਰਦਾਨ ਕਰੇਗਾ, ਨਾਲ ਹੀ ਇਕ ਡਾਟਾ ਸੈਂਟਰ ਅਤੇ ਐਸ.ਐਮ.ਓ. ਮੀਟਿੰਗ-ਕਮ-ਕਾਨਫਰੰਸ ਹਾਲ ਵੀ ਹੋਵੇਗਾ।”  
ਮੁੱਖ ਮੰਤਰੀ ਨੇ ਕਿਹਾ ਕਿ 1.25 ਕਰੋੜ ਰੁਪਏ ਮਾਈਨਰ ਕੰਕਰੀਟ ਲਾਈਨਿੰਗ 'ਤੇ ਖਰਚ ਕੀਤੇ ਜਾ ਰਹੇ ਹਨ, ਇਕ ਕਰੋੜ ਰੁਪਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਦੋ ਪਿੰਡਾਂ ਦੇ ਵਿਕਾਸ ਪ੍ਰੋਜੈਕਟਾਂ ਲਈ ਖਰਚ ਕੀਤੇ ਜਾ ਰਹੇ ਹਨ। ਦਾਨੇਵਾਲਾ ਵਿਖੇ 2.33 ਕਰੋੜ ਰੁਪਏ ਖਰਚ ਕੇ 66 ਕੇ.ਵੀ. ਗਰਿੱਡ ਦੀ ਸਮਰੱਥਾ 12.5 ਐਮ.ਵੀ.ਏ. ਵਧਾ ਕੇ 20 ਐਮ.ਵੀ.ਏ. ਕੀਤੀ ਗਈ ਹੈ ਜਿਸ ਨਾਲ 2.33 ਕਰੋੜ ਰੁਪਏ ਦੀ ਲਾਗਤ ਨਾਲ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇਗੀ ਅਤੇ ਖਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨ ਭਾਈਚਾਰੇ ਨੂੰ ਵੱਡਾ ਫਾਇਦਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਮਾਨਸਾ-ਤਲਵੰਡੀ ਸਾਬੋ ਸੜਕ ਨੂੰ 31.20 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, 33.07 ਕਰੋੜ ਰੁਪਏ ਨਵੇਂ ਖਾਲਿਆਂ ਦੇ ਨਿਰਮਾਣ 'ਤੇ ਖਰਚ ਕੀਤੇ ਜਾ ਰਹੇ ਹਨ ਅਤੇ 12.83 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਝੰਡਾ ਕਲਾਂ, ਉੱਲਕ ਅਤੇ ਬਣਵਾਲਾ ਨਵਾਂ ਵਿੱਚ ਨਵੇਂ ਗਰਿੱਡ ਸਥਾਪਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਰਦੂਲਗੜ੍ਹ ਸ਼ਹਿਰ ਵਿੱਚ ਨਵੀਆਂ ਸੀਵਰੇਜ ਪਾਈਪਲਾਈਨਾਂ ਵਿਛਾਉਣ ਲਈ 14.76 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਨਾਲ 24.80 ਕਿਲੋਮੀਟਰ ਸੀਵਰੇਜ ਸਿਸਟਮ ਪਾਉਣ ਦੇ ਨਾਲ-ਨਾਲ ਸਬੰਧਤ ਪ੍ਰੋਜੈਕਟਾਂ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਨੇ ਸਰਦੂਲਗੜ੍ਹ ਦੇ ਸਰਕਾਰੀ ਹਸਪਤਾਲ ਨੂੰ 100 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ ਤਾਂ ਜੋ ਲੋਕਾਂ ਨੂੰ ਮਿਆਰੀ ਇਲਾਜ ਮਿਲ ਸਕੇ।
ਆਪਣੇ ਸੰਬੋਧਨ ਵਿੱਚ ਸੀਨੀਅਰ 'ਆਪ' ਆਗੂ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ, "ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਹ ਪ੍ਰੋਜੈਕਟ ਪੂਰੇ ਖੇਤਰ ਦੇ ਆਰਥਿਕ ਵਿਕਾਸ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਵੇਗਾ। ਅਸੀਂ ਇਮਾਨਦਾਰੀ ਅਤੇ ਕੰਮ ਦੀ ਰਾਜਨੀਤੀ 'ਤੇ ਚੱਲ ਰਹੇ ਹਾਂ ਅਤੇ ਨਕਾਰਾਤਮਕ ਏਜੰਡੇ ਨੂੰ ਲੋਕ ਮੂੰਹ ਨਹੀਂ ਲਾਉਣਗੇ।"
ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਸਾਲ 2022 ਦਾ ਫਤਵਾ ਆਮ ਲੋਕਾਂ ਦੀ ਭਲਾਈ ਲਈ ਸਿਹਤ ਅਤੇ ਸਿੱਖਿਆ ਦੇ ਏਜੰਡੇ ਦੇ ਹੱਕ ਵਿੱਚ ਸੀ। ਆਈ.ਟੀ.ਆਈ. ਆਮ ਆਦਮੀ ਦੇ ਬੱਚਿਆਂ ਲਈ ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹੇਗੀ। ਸੂਬਾ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਵਚਨਬੱਧ ਹੈ।"
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਖੁੱਡੀਆਂ, ਸੀਨੀਅਰ 'ਆਪ' ਆਗੂ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਅਤੇ ਹੋਰ ਵੀ ਮੌਜੂਦ ਸਨ।

ਮੰਡੀ ਗੋਬਿੰਦਗੜ੍ਹ, 24 ਫਰਵਰੀ: ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਨਰਸਿੰਗ ਨੇ ਪ੍ਰਿੰਸੀਪਲ ਡਾ. ਲਵਸੰਪੂਰਨਜੋਤ ਕੌਰ ਦੀ ਯੋਗ ਅਗਵਾਈ, ਪ੍ਰੋ. ਸੁਖਵਿੰਦਰ ਕੌਰ ਅਤੇ  ਡਿਪਟੀ ਡਾਇਰੈਕਟਰ ਡਾ. ਪ੍ਰਭਜੋਤ ਸਿੰਘ ਦੇ ਮਾਰਗਦਰਸ਼ਨ ਹੇਠ ਸਰੀਰ ਵਿਗਿਆਨ 'ਤੇ ਇੱਕ ਮਾਡਲ ਪ੍ਰਦਰਸ਼ਨੀ ਲਗਾਈ।

ਬੀਐਸਸੀ. ਨਰਸਿੰਗ ਪਹਿਲੇ ਸਮੈਸਟਰ ਅਤੇ ਜੀ.ਐਨ.ਐਮ ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ, ਨਵੀਨਤਾਕਾਰੀ ਅਤੇ ਜਾਣਕਾਰੀ ਭਰਪੂਰ ਕਾਰਜਸ਼ੀਲ ਮਾਡਲ ਪੇਸ਼ ਕੀਤੇ ਜੋ ਵੱਖ-ਵੱਖ ਸਰੀਰ ਵਿਗਿਆਨਕ ਬਣਤਰਾਂ ਅਤੇ ਸਰੀਰਕ ਪ੍ਰਕਿਰਿਆਵਾਂ ਦੀ ਆਪਣੀ ਸਮਝ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਰਸ਼ਿਤ ਕਰਦੇ ਸਨ। ਪ੍ਰਦਰਸ਼ਨੀ ਨੇ ਵਿਦਿਆਰਥੀਆਂ ਨੂੰ ਸਿਧਾਂਤਕ ਗਿਆਨ ਨੂੰ ਵਿਹਾਰਕ ਉਪਯੋਗ ਨਾਲ ਜੋੜਨ ਲਈ ਇੱਕ ਕੀਮਤੀ ਪਲੇਟਫਾਰਮ ਪ੍ਰਦਾਨ ਕੀਤਾ, ਜਿਸ ਨਾਲ ਉਨ੍ਹਾਂ ਦੇ ਅਕਾਦਮਿਕ ਸਿੱਖਣ ਦੇ ਅਨੁਭਵ ਵਿੱਚ ਵਾਧਾ ਹੋਇਆ।

ਇਸ ਪ੍ਰਦਰਸ਼ਨੀ ਵਿੱਚ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ ਜ਼ੋਰਾ ਸਿੰਘ; ਡਾ. ਤਜਿੰਦਰ ਕੌਰ ਪ੍ਰੋ-ਚਾਂਸਲਰ ਅਤੇ ਡਾ. ਹਰਸ਼ ਸਦਾਵਰਤੀ ਵਾਈਸ ਚਾਂਸਲਰ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਵਿਗਿਆਨਕ ਪਹੁੰਚ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਭਾਗੀਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਪੇਸ਼ੇਵਰ ਸਫ਼ਰ ਵਿੱਚ ਉੱਤਮਤਾ ਲਈ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ।

ਇਹ ਪ੍ਰਦਰਸ਼ਨੀ ਇੱਕ ਸਫਲ ਨੋਟ 'ਤੇ ਸਮਾਪਤ ਹੋਈ, ਜੋ ਫੈਕਲਟੀ ਮੈਂਬਰਾਂ ਦੀ ਸਮਰਪਿਤ ਸਲਾਹ ਅਤੇ ਸਕੂਲ ਆਫ਼ ਨਰਸਿੰਗ ਦੀ ਅਕਾਦਮਿਕ ਉੱਤਮਤਾ ਅਤੇ ਅਨੁਭਵੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਚੰਡੀਗੜ੍ਹ  :  ਪੰਜਾਬ ਸਰਕਾਰ ਵੱਲੋਂ ਐਲਾਨੀ ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਨੇ ਕਿਹਾ ਕਿ ਇਹ ਪਹਿਲ ਕੌਮੀ ਖੁਰਾਕ ਸੁਰੱਖਿਆ ਐਕਟ ਦੀ ਆਤਮਾ ਅਨੁਸਾਰ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਤੇ ਮਿਸਾਲੀ ਕਦਮ ਹੈ।

ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕ ਦੀ ਖੁਰਾਕ ਸਮੇਂ ਸਿਰ ਅਤੇ ਉਚਿਤ ਗੁਣਵੱਤਾ ਨਾਲ ਪ੍ਰਾਪਤ ਹੋਵੇ। ਇਸ ਸੰਦਰਭ ਵਿੱਚ ‘ਮੇਰੀ ਰਸੋਈ’ ਯੋਜਨਾ ਤਹਿਤ ਤਿਮਾਹੀ ਆਧਾਰ ‘ਤੇ ਦਿੱਤੀਆਂ ਜਾਣ ਵਾਲੀਆਂ ਰਾਸ਼ਨ ਕਿੱਟਾਂ ਪੋਸ਼ਣ ਸੁਰੱਖਿਆ ਨੂੰ ਵਧਾਉਣ ਵਿੱਚ ਸਹਾਇਕ ਸਾਬਿਤ ਹੋਣਗੀਆਂ।

ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ ਅਨੁਸਾਰ ਹਰ ਯੋਗ ਪਰਿਵਾਰ ਨੂੰ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਲੂਣ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਪ੍ਰਦਾਨ ਕੀਤਾ ਜਾਵੇਗਾ। ਇਹ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਦਿੱਤੀ ਜਾਂਦੀ ਕਣਕ ਤੋਂ ਇਲਾਵਾ ਹੋਣਗੀਆਂ।

ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਇਸ ਯੋਜਨਾ ਦੀ ਅਮਲ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਵੰਡ ਪ੍ਰਣਾਲੀ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਰਹੇ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਖੁਰਾਕੀ ਵਸਤਾਂ ਦੀ ਗੁਣਵੱਤਾ, ਸਟੋਰੇਜ ਅਤੇ ਵੰਡ ਦੌਰਾਨ ਮਿਆਰੀ ਨਿਯਮਾਂ ਦੀ ਪਾਲਣਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਕਮਿਸ਼ਨ ਇਸ ਬਾਰੇ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਾਂ ਨਾਲ ਸੂਬੇ ਵਿੱਚ ਖੁਰਾਕ ਸੁਰੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਅਤੇ ਯੋਗ ਪਰਿਵਾਰਾਂ ਨੂੰ ਪੋਸ਼ਣਯੁਕਤ ਖੁਰਾਕ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਪੰਜਾਬ ਰਾਜ ਖੁਰਾਕ ਕਮਿਸ਼ਨ ਹਮੇਸ਼ਾਂ ਦੀ ਤਰ੍ਹਾਂ ਲੋਕਾਂ ਦੇ ਖੁਰਾਕ ਸੰਬੰਧੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ।

ਡੇਢ ਸਾਲ ਪਹਿਲਾਂ ਜੁਆਇਨ ਕੀਤੀ ਸੀ ਡਿਊਟੀ
ਅੰਮਿ੍ਰਤਸਰ/ਬਿਊਰੋ ਨਿਊਜ਼
ਅੰਮਿ੍ਰਤਸਰ ਸ਼ਹਿਰ ਦੇ ਸੁਲਤਾਨਵਿੰਡ ਰੋਡ ਦੇ ਇਲਾਕਾ ਗੋਬਿੰਦ ਨਗਰ ਦੇ ਚੌੜਾ ਬਜ਼ਾਰ ਵਿਚ ਰਹਿਣ ਵਾਲੇ ਨੌਜਵਾਨ ਸਹਿ ਪਾਇਲਟ ਸਵਰਾਜਦੀਪ ਸਿੰਘ ਦੀ ਅੱਜ ਏਅਰ ਐਂਬੂਲੈਂਸ ਦੇ ਹਾਦਸਾਗ੍ਰਸਤ ਹੋਣ ਕਾਰਨ ਹੋਈ ਮੌਤ ’ਤੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਸਵਰਾਜਦੀਪ ਸਿੰਘ ਨੇ ਡੇਢ ਸਾਲ ਪਹਿਲਾਂ ਹੀ ਡਿਊਟੀ ਸ਼ੁਰੂ ਕੀਤੀ ਸੀ ਅਤੇ ਉਸਦਾ ਇਕ ਛੋਟਾ ਬੱਚਾ ਵੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰਾਂਚੀ ਤੋਂ ਦਿੱਲੀ ਜਾ ਰਹੇ ਏਅਰ ਐਂਬੂਲੈਂਸ ਦੇ ਜਹਾਜ਼ ਦੇ ਝਾਰਖੰਡ ਨੇੜੇ ਕਰੈਸ਼ ਹੋਣ ਕਾਰਨ ਸਵਰਾਜਦੀਪ ਸਿੰਘ ਸਣੇ 7 ਕਰੂ ਮੈਂਬਰਾਂ ਦੀ ਜਾਨ ਚਲੇ ਗਈ ਹੈ।

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਵਿੱਢੀ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ, ਪੰਜਾਬ ਸਰਕਾਰ ਨੇ ਅੱਜ 'ਲੋੜੀਂਦੇ ਅਪਰਾਧੀਆਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਦੀ ਇਨਾਮ ਨੀਤੀ' ਨੂੰ ਨੋਟੀਫਾਈ ਹੋ ਗਈ ਹੈ ਜਿਸ ਨਾਲ ਫੀਲਡ ਅਧਿਕਾਰੀ ਅਤੇ ਵਿੰਗਾਂ ਦੇ ਮੁਖੀ (ਐਸਡੀਜੀਪੀ/ਏਡੀਜੀਪੀ) ਅਧਿਕਾਰਤ ਤੌਰ ‘ਤੇ ਉਨ੍ਹਾਂ ਲੋਕਾਂ ਜਿਨ੍ਹਾਂ ਵੱਲੋਂ ਦਿੱਤੀ ਗਈ ਜਾਣਕਾਰੀ ਨਾਲ ਅਪਰਾਧੀਆਂ ਦੀ ਗ੍ਰਿਫਤਾਰੀ ਹੁੰਦੀ ਹੈ, ਜਾਂ ਫਿਰ ਅਸਾਧਾਰਨ ਕਾਰਵਾਈਆਂ ਕਰਨ ਵਾਲੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਇਨਾਮ ਦੇ ਸਕਣਗੇ।

ਜ਼ਿਕਰਯੋਗ ਹੈ ਕਿ ਇਸ ਨੀਤੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ ਸੋਮਵਾਰ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਇਸ ਨੀਤੀ ਦਾ ਉਦੇਸ਼ ਇਨਾਮ ਦੇਣ ਲਈ ਇੱਕ ਪਾਰਦਰਸ਼ੀ ਅਤੇ ਯੋਜਨਾਬੱਧ ਵਿਧੀ ਨੂੰ ਯਕੀਨੀ ਬਣਾਉਣਾ, ਸੂਚਨਾ ਦੇਣ ਵਾਲਿਆਂ ਨੂੰ ਪ੍ਰੇਰਿਤ ਕਰਨਾ ਅਤੇ ਲੋੜੀਂਦੇ ਅਪਰਾਧੀਆਂ ਨੂੰ ਫੜਨ ਵਿੱਚ ਕਾਨੂੰਨ ਲਾਗੂਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੇ ਯਤਨਾਂ ਨੂੰ ਮਾਨਤਾ ਦੇਣਾ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ, "ਇਸ ਨੀਤੀ ਤਹਿਤ, ਐਸਐਸਪੀਜ਼ ਨੂੰ 1 ਲੱਖ ਰੁਪਏ ਤੱਕ, ਸੀਪੀਜ਼ ਅਤੇ ਆਈਜੀਪੀਜ਼/ਡੀਆਈਜੀਜ਼ ਰੇਂਜਾਂ ਨੂੰ 1.5 ਲੱਖ ਰੁਪਏ ਤੱਕ, ਵਿੰਗ ਦੇ ਮੁੱਖੀਆਂ ਨੂੰ 2 ਲੱਖ ਰੁਪਏ ਤੱਕ ਦੇ ਇਨਾਮ ਦੇਣ ਲਈ ਅਧਿਕਾਰਤ ਕੀਤਾ ਗਿਆ, ਜਦੋਂ ਕਿ ਡੀਜੀਪੀ ਪੰਜਾਬ 2 ਲੱਖ ਰੁਪਏ ਤੋਂ ਵੱਧ ਦੇ ਇਨਾਮ ਮਨਜ਼ੂਰ ਕਰ ਸਕਦੇ ਹਨ।"

ਇਸ ਨੀਤੀ ਦਾ ਉਦੇਸ਼ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ ਦੋਵਾਂ ਨੂੰ ਭਰੋਸੇਯੋਗ ਅਤੇ ਕਾਰਵਾਈਯੋਗ ਜਾਣਕਾਰੀ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਕਾਨੂੰਨ ਤੋਂ ਬਚਣ ਵਾਲੇ ਅਪਰਾਧੀਆਂ ਦੀ ਪਛਾਣ, ਉਨ੍ਹਾਂ ਦੇ ਸਥਾਨ ਦਾ ਪਤਾ ਲਗਾਉਣ ਅਤੇ ਗ੍ਰਿਫਤਾਰੀ ਕੀਤੀ ਜਾ ਸਕੇ। ਇਸ ਵਿੱਚ "ਲੋੜੀਂਦੇ ਅਪਰਾਧੀਆਂ" ਦਾ ਵਿਆਪਕ ਨੈਟਵਰਕ ਸ਼ਾਮਲ ਹੈ, ਜਿਸ ਵਿੱਚ ਭਗੌੜੇ, ਘੋਸ਼ਿਤ ਅਪਰਾਧੀ, ਆਦਤਨ ਅਪਰਾਧੀ ਅਤੇ ਜਾਣਬੁੱਝ ਕੇ ਗ੍ਰਿਫਤਾਰੀ ਤੋਂ ਬਚਣ ਵਾਲੇ ਦੋਸ਼ੀ ਵਿਅਕਤੀ ਸ਼ਾਮਲ ਹਨ।

ਡੀਜੀਪੀ ਨੇ ਸਪੱਸ਼ਟ ਕੀਤਾ ਕਿ ਇਨਾਮ ਇੱਕ ਐਕਸ-ਗ੍ਰੇਸ਼ੀਆ ਅਦਾਇਗੀ ਹੈ ਅਤੇ ਇਸਨੂੰ ਅਧਿਕਾਰ ਵਜੋਂ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨਾਮ ਦੀ ਰਾਸ਼ੀ ਅਪਰਾਧ ਦੀ ਗੰਭੀਰਤਾ, ਸੂਚਨਾ ਦੇਣ ਵਾਲੇ ਦੁਆਰਾ ਲਏ ਗਏ ਜੋਖਮ ਦੇ ਪੱਧਰ ਅਤੇ ਪ੍ਰਦਾਨ ਕੀਤੀ ਗਈ ਜਾਣਕਾਰੀ ਦੀ ਸਮੁੱਚੀ ਗੁਣਵੱਤਾ ਨੂੰ ਧਿਆਨ ਵਿੱਚ ਰੱਖਦਿਆਂ, ਕੇਸ-ਦਰ-ਕੇਸ ਆਧਾਰ 'ਤੇ ਨਿਰਧਾਰਤ ਕੀਤੀ ਜਾਵੇਗੀ।

ਪਾਰਦਰਸ਼ਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਨੀਤੀ ਤਹਿਤ ਇੱਕ ਢਾਂਚਾਗਤ ਸਿਫ਼ਾਰਸ਼ ਪ੍ਰਕਿਰਿਆ ਨੂੰ ਲਾਜ਼ਮੀ ਬਣਾਇਆ ਗਿਆ ਹੈ ਅਤੇ ਕਾਰਵਾਈ ਵਿੱਚ ਸ਼ਾਮਲ ਨਿਗਰਾਨ ਗਜ਼ਟਿਡ ਅਧਿਕਾਰੀ ਵੱਲੋਂ ਲਾਜ਼ਮੀ ਤੌਰ ‘ਤੇ ਜਾਣਕਾਰੀ ਦੀ ਭਰੋਸੇਯੋਗਤਾ ਅਤੇ ਸ਼ਾਮਲ ਵਿਅਕਤੀਆਂ ਦੀਆਂ ਖਾਸ ਭੂਮਿਕਾਵਾਂ ਨੂੰ ਪ੍ਰਮਾਣਿਤ ਕਰਨ ਸਬੰਧੀ ਰਿਪੋਰਟ ਜਮ੍ਹਾਂ ਕਰਾਉਣੀ ਹੋਵੇਗੀ। ਡੀਜੀਪੀ ਨੇ ਕਿਹਾ ਕਿ ਜਾਣਕਾਰੀ ਪ੍ਰਦਾਨ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਹਰ ਪੜਾਅ 'ਤੇ ਗੁਪਤ ਰੱਖੀ ਜਾਵੇਗੀ।

ਕਿਹਾ : ਤੁਸੀਂ ਆਪਣੇ ਬੱਚਿਆਂ ਨੂੰ ਪੜ੍ਹਾਓ, ਬਾਕੀ ਜ਼ਿੰਮੇਵਾਰੀ ਮੇਰੀ ਹੋਵੇਗੀ
ਮਾਨਸਾ/ਬਿਊਰੋ ਨਿਊਜ਼  
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਕਸਬਾ ਸਰਦੂਲਗੜ੍ਹ ਵਿਖੇ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਿਆ ਹੈ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਸਿਆਸੀ ਵਿਰੋਧੀਆਂ ’ਤੇ ਤਿੱਖੇ ਤਨਜ਼ ਕੱਸੇ। ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਤਨਜ ਕੱਸਦਿਆਂ ਕਿਹਾ ਕਿ ਬਾਦਲ ਦੀ ਸੋਚ ਬਹੁਤ ਵੱਡੀ ਸੀ ਅਤੇ ਉਹ ਚਾਹੁੰਦੇ ਸਨ ਕਿ ਨੌਵੀਂ ਤੱਕ ਕਿਸੇ ਨੂੰ ਫੇਲ੍ਹ ਨਾ ਕੀਤਾ ਜਾਵੇ, ਪਰ ਉਨ੍ਹਾਂ ਪਾਸ ਹੋਏ ਵਿਦਿਆਰਥੀਆਂ ਦੇ ਦਸਵੀਂ ਦੇ ਨੰਬਰ ਫੇਲ੍ਹ ਬਰਾਬਰ ਹੀ ਆਉਂਦੇ ਸਨ। ਸੀਐਮ ਮਾਨ ਨੇ ਕਿਹਾ ਕਿ ਅਸੀਂ ਕਾਲੀਆਂ ਭੇਡਾਂ ਦਾ ਪਤਾ ਲੱਗਦਿਆਂ ਹੀ ਉਨ੍ਹਾਂ ਨੂੰ ਮੁਅੱਤਲ ਕਰ ਦਿੰਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਹੁਣ ਜ਼ਮੀਨਾਂ ਵਾਲੇ ਵੱਡੇ ਨਹੀਂ ਹੋਣਗੇ ਬਲਕਿ ਪੜ੍ਹਾਈ ਵਾਲੇ ਵੱਡੇ ਮੰਨੇ ਜਾਣਗੇ। ਮਾਨ ਨੇ ਕਿਹਾ ਕਿ ਤੁਸੀਂ ਸਾਰੇ ਬੱਚਿਆਂ ਨੂੰ ਪੜ੍ਹਾਓ, ਬਾਕੀ ਸਾਰੀ ਜ਼ਿੰਮੇਵਾਰੀ ਮੈਂ ਚੁੱਕਦਾ ਹਾਂ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਹੋਈ ਤਾਂ ਜਵਾਬ ਮੈਂ ਦਿਆਂਗਾ।

ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਨੇ ਅੱਜ ਆਪਣੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਸਬੰਧੀ ਰੁਕਾਵਟਾਂ ਨੂੰ ਦੂਰ ਕਰਦਿਆਂ ਐਲਾਨ ਕੀਤਾ ਕਿ ਲੋਕ ਹੁਣ ਸੂਬੇ ਭਰ ਦੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਵਿੱਚ ਸਿਰਫ਼ ਆਧਾਰ ਅਤੇ ਵੋਟਰ ਆਈਡੀ ਨਾਲ ਤੁਰੰਤ ਮੌਕੇ 'ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਪੱਧਰ ਦੇ ਉੱਦਮੀਆਂ ਲਈ ਪ੍ਰਦਰਸ਼ਨ-ਅਧਾਰਤ ਪ੍ਰੋਤਸਾਹਨਾਂ ਦੀ ਵੀ ਸ਼ੁਰੂਆਤ ਕੀਤੀ, ਜਿਸ ਤਹਿਤ ਬਿਹਤਰ ਪ੍ਰਦਰਸ਼ਨ ਕਰਨ ਵਾਲਿਆਂ ਲਈ ਪੰਜਾਬ ਸਰਕਾਰ ਵਿੱਚ ਤਰਜੀਹੀ ਤੌਰ ਉਤੇ ਰੁਜ਼ਗਾਰ ਦੇ ਮੌਕੇ ਦੇਣ ਦਾ ਵਾਅਦਾ ਕੀਤਾ ਗਿਆ। ਇਸ ਤੋਂ ਇਲਾਵਾ ਯੋਜਨਾ ਦੇ 100 ਫੀਸਦੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਸੂਬਾ ਪੱਧਰੀ ਲਾਮਬੰਦੀ ਮੁਹਿੰਮ ਸ਼ੁਰੂ ਕੀਤੀ ਗਈ।

ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਉੱਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਰਵਾਇਤੀ ਤਰੀਕਿਆਂ ਤੋਂ ਹੱਟ ਕੇ ਰਜਿਸਟ੍ਰੇਸ਼ਨ ਮੁਹਿੰਮ ਦਾ ਵਿਸਥਾਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਈ ਵੀ ਪੰਜਾਬ ਨਿਵਾਸੀ ਜਿਸ ਕੋਲ ਆਧਾਰ ਕਾਰਡ ਅਤੇ ਪੰਜਾਬ ਵੋਟਰ ਆਈਡੀ ਹੈ, ਉਹ ਇਸ ਯੋਜਨਾ ਵਿੱਚ ਨਾਮ ਦਰਜ ਕਰਵਾਉਣ ਲਈ ਕਿਸੇ ਵੀ ਕਾਮਨ ਸਰਵਿਸ ਸੈਂਟਰ (ਸੀਐਸਸੀ) ਜਾਂ ਨਿਰਧਾਰਤ ਰਜਿਸਟ੍ਰੇਸ਼ਨ ਕੈਂਪ ਵਿੱਚ ਜਾ ਸਕਦਾ ਹੈ।

ਕੁਸ਼ਲਤਾ ਵਿੱਚ ਵਾਧਾ ਕਰਨ ਲਈ ਇੱਕ ਅਹਿਮ ਕਦਮ ਚੁੱਕਦਿਆਂ, ਡਾ. ਬਲਬੀਰ ਸਿੰਘ ਨੇ ਕਾਮਨ ਸਰਵਿਸ ਸੈਂਟਰਾਂ ਨੂੰ ਚਲਾਉਣ ਵਾਲੇ ਪਿੰਡ ਪੱਧਰ ਦੇ ਉੱਦਮੀਆਂ ਲਈ ਪ੍ਰਦਰਸ਼ਨ ਅਧਾਰਤ ਪ੍ਰੋਤਸਾਹਨ ਦਾ ਐਲਾਨ ਕੀਤਾ। ਡਿਜੀਟਲ ਪ੍ਰਸ਼ਾਸਨ ਸਬੰਧੀ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਮਾਨਤਾ ਦਿੰਦਿਆਂ, ਉਨ੍ਹਾਂ ਕਿਹਾ, "ਰਜਿਸਟ੍ਰੇਸ਼ਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਸਬੰਧੀ ਸਭ ਤੋਂ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਪਿੰਡ ਪੱਧਰ ਦੇ ਉੱਦਮੀਆਂ ਨੂੰ ਪੰਜਾਬ ਸਰਕਾਰ ਵਿੱਚ ਤਰਜੀਹੀ ਤੌਰ ਤੇ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ।"

ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਸੰਭਾਵੀ ਤੌਰ ਤੇ ਪਿੰਡ ਪੱਧਰ ਦੇ ਉੱਦਮੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ ਨਾਲ ਹਰੇਕ ਕਾਮਨ ਸਰਵਿਸ ਸੈਂਟਰ ਨੂੰ ਪੰਜਾਬ ਦੇ ਲੋਕਾਂ ਲਈ ਸਿਹਤ ਕਵਰੇਜ ਹਾਸਲ ਕਰਨ ਦੇ ਸਮਰਪਿਤ ਗਤੀਵਿਧੀ ਕੇਂਦਰ ਵਿੱਚ ਬਦਲ ਦੇਵੇਗੀ।

ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, ‘ਸਿਹਤ ਸੰਭਾਲ ਇੱਕ ਅਧਿਕਾਰ ਹੈ, ਕੋਈ ਵਿਸ਼ੇਸ਼ ਸਹੂਲਤ ਨਹੀਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿੱਚ ਇੱਕ ਵੀ ਪਰਿਵਾਰ ਨੂੰ ਮਹਿੰਗੇ ਡਾਕਟਰੀ ਇਲਾਜ ਕਾਰਨ ਗਰੀਬੀ ਰੇਖਾ ਤੋਂ ਹੇਠਾਂ ਨਹੀਂ ਜਾਣ ਦੇਵੇਗੀ। ਸਿਰਫ਼ ਦੋ ਜਰੂਰੀ ਦਸਤਾਵੇਜ਼ਾਂ ਨਾਲ ਰਜਿਸਟਰੇਸ਼ਨ ਕਰਨ ਦੀ ਸਹੂਲਤ ਦੇ ਕੇ ਸਰਕਾਰ ਨਾਗਰਿਕਾਂ ਅਤੇ ਉਨ੍ਹਾਂ ਦੇ ਮੁਫ਼ਤ ਸਿਹਤ ਸੰਭਾਲ ਦੇ ਅਧਿਕਾਰ ਦਰਮਿਆਨ ਆਉਂਦੀ ਹਰ  ਰੁਕਾਵਟ ਨੂੰ ਦੂਰ ਕਰ ਰਹੀ ਹੈ।’’

ਸਕੀਮ ਦੇ 100 ਫੀਸਦੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸਿਹਤ ਮੰਤਰੀ ਨੇ ਇੱਕ ਜ਼ਮੀਨੀ ਪੱਧਰ ’ਤੇ ਵੱਡੀ ਲਾਮਬੰਦੀ ਮੁਹਿੰਮ ਸ਼ੁਰੂ ਕੀਤੀ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਰਾਜ ਦੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਰਮੀਆਂ ਅਤੇ ਆਂਗਣਵਾੜੀ ਵਰਕਰਾਂ ਦੇ ਵਿਆਪਕ ਨੈੱਟਵਰਕ ਨੂੰ ਸਰਗਰਮ ਕਰਨ ਦੇ ਨਿਰਦੇਸ਼ ਦਿੱਤੇ। ਇਹ ਫਰੰਟਲਾਈਨ ਵਰਕਰ ਯੋਗ ਪਰਿਵਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਨੇੜਲੇ ਨਾਮਾਂਕਣ ਕੇਂਦਰਾਂ ਬਾਰੇ ਸੇਧ ਦੇਣ ਲਈ ਘਰ-ਘਰ ਮੁਹਿੰਮ ਚਲਾਉਣਗੇ ਤਾਂ ਜੋ  ਇਹ ਯਕੀਨੀ ਬਣਾਇਆ ਜਾ ਸਕੇ ਕਿ ਕਮਜ਼ੋਰ ਵਰਗ ਦਾ ਕੋਈ ਬਾਸ਼ਿੰਦਾ ਇਸ ਸਕੀਮ ਤੋਂ ਵਾਂਝਾ  ਨਾ ਰਹੇ।

ਇਸ ਵਰਚੁਅਲ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ਼੍ਰੀ ਕੁਮਾਰ ਰਾਹੁਲ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਸ਼੍ਰੀ ਅਨੁਰਾਗ ਕੁੰਡੂ, ਮੁੱਖ ਕਾਰਜਕਾਰੀ ਅਧਿਕਾਰੀ ਰਾਜ ਸਿਹਤ ਏਜੰਸੀ ਸ਼੍ਰੀ ਸੰਯਮ ਅਗਰਵਾਲ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਅਤੇ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

ਬਠਿੰਡਾ/ਬਿਊਰੋ ਨਿਊਜ਼
ਪੰਜਾਬ ਭਰ ਵਿੱਚ ਵਧ ਰਹੇ ਤਾਪਮਾਨ ਦੇ ਮੱਦੇਨਜ਼ਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਨੇ ਕਿਸਾਨਾਂ ਨੂੰ ਸੰਭਾਵੀ ਨੁਕਸਾਨ ਤੋਂ ਬਚਣ ਲਈ ਕਣਕ ਦੀ ਫਸਲ ਦੀ ਵਿਸ਼ੇਸ਼ ਦੇਖਭਾਲ ਕਰਨ ਦੀ ਸਲਾਹ ਦਿੱਤੀ ਹੈ। ਐਗਰੀਕਲਚਰ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਨਿਰਦੇਸ਼ਕ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਸੂਬੇ ਵਿੱਚ ਕਣਕ ਦਾ ਕਰੀਬ 95 ਫੀਸਦੀ ਰਕਬਾ 25 ਅਕਤੂਬਰ ਤੋਂ 15 ਨਵੰਬਰ ਦੇ ਦਰਮਿਆਨ ਬੀਜਿਆ ਗਿਆ ਸੀ, ਜਿਸ ਨੂੰ ਸਰਵੋਤਮ ਸਮਾਂ ਮੰਨਿਆ ਜਾਂਦਾ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਬਦਲਦੇ ਮੌਸਮ ਦੇ ਹਾਲਾਤ ਹੁਣ ਚਿੰਤਾ ਦਾ ਵਿਸ਼ਾ ਬਣ ਗਏ ਹਨ। ਡਾ. ਭੁੱਲਰ ਨੇ ਦੱਸਿਆ ਕਿ ਇਸ ਸਮੇਂ ਕਣਕ ਦੀ ਫਸਲ ਉੱਚ ਤਾਪਮਾਨ ਪ੍ਰਤੀ ਬਹੁਤ ਸੰਵੇਦਨਸ਼ੀਲ ਹੁੰਦੀ ਹੈ। ਉਨ੍ਹਾਂ ਕਿਹਾ ਅਜਿਹੇ ਤਾਪਮਾਨ ਨਾਲ ਕਣਕ ਦੇ ਝਾੜ ’ਤੇ ਮਾੜਾ ਅਸਰ ਪੈਂਦਾ ਹੈ।

ਚੰਡੀਗੜ੍ਹ, 24 ਫਰਵਰੀ:

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਵੇਂ ਪਦਉੱਨਤ ਹੋਏ ਸੀਨੀਅਰ ਮੈਡੀਕਲ ਅਫਸਰਾਂ (ਐਸ.ਐਮ.ਓ.) ਲਈ ਵਿਆਪਕ ਦੋ-ਰੋਜ਼ਾ ਸਮਰੱਥਾ ਨਿਰਮਾਣ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ, ਜਿਸ ਵਿੱਚ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਜਨਤਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਗਿਆ।

ਅਧਿਕਾਰੀਆਂ ਨੂੰ ਉਨ੍ਹਾਂ ਦੀ ਪਦਉੱਨਤੀ ਉੱਤੇ ਵਧਾਈ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਸਿਖਲਾਈ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੀ ਪ੍ਰਸ਼ਾਸਕੀ, ਪ੍ਰਬੰਧਕੀ ਅਤੇ ਪ੍ਰੋਗਰਾਮ ਲਾਗੂ ਕਰਨ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੇ ਵਿਸ਼ਵਾਸ ਅਤੇ ਕੁਸ਼ਲਤਾ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪ੍ਰਮੁੱਖ ਸਿਹਤ ਪਹਿਲਕਦਮੀਆਂ ਦੀ ਸਫਲਤਾ ਜ਼ਮੀਨੀ ਪੱਧਰ 'ਤੇ ਇਨ੍ਹਾਂ ਅਧਿਕਾਰੀਆਂ ਦੀ ਅਗਵਾਈ, ਨਿਗਰਾਨੀ ਅਤੇ ਵਚਨਬੱਧਤਾ 'ਤੇ ਨਿਰਭਰ ਕਰਦੀ ਹੈ।

ਸਿਹਤ ਮੰਤਰੀ ਨੇ ਐਸਐਮਓਜ਼ ਨੂੰ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਸਮੇਤ ਪ੍ਰਮੁੱਖ ਸਿਹਤ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਐਮਐਮਐਸਵਾਈ ਤਹਿਤ ਲਾਭਪਾਤਰੀਆਂ ਦੇ 100 ਫ਼ੀਸਦੀ ਨਾਮਾਂਕਣ ਅਤੇ ਸਮੇਂ ਸਿਰ ਕਾਰਡ ਬਣਾਉਣ ਨੂੰ ਯਕੀਨੀ ਬਣਾ ਕੇ ਪ੍ਰਗਤੀ ਦੀ ਨੇੜਿਓਂ ਨਿਗਰਾਨੀ ਕਰਨ ਲਈ ਕਿਹਾ। ਐਮਐਮਐਸਵਾਈ ਦੇ ਤਹਿਤ ਐਸਐਮਓਜ਼ ਸਥਾਨਕ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਫੰਡਾਂ ਦੀ ਵਰਤੋਂ ਕਰ ਸਕਦੇ ਹਨ।

ਡਾ. ਬਲਬੀਰ ਸਿੰਘ ਨੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਦਵਾਈਆਂ ਅਤੇ ਡਾਇਗਨੌਸਟਿਕਸ ਸੇਵਾਵਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਨਵੀਆਂ ਸਹੂਲਤਾਂ ਦੀ ਨਿਗਰਾਨੀ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਐਸਐਮਓਜ਼ ਨੂੰ ਯੁੱਧ ਨਸ਼ਿਆਂ ਵਿਰੁੱਧ ਪਹਿਲਕਦਮੀ ਤਹਿਤ ਨਸ਼ਾ ਛੁਡਾਊ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਓਟ ਕਲੀਨਿਕਾਂ ਦੀ ਨਿਗਰਾਨੀ ਕਰਨ ਦਾ ਕੰਮ ਵੀ ਸੌਂਪਿਆ।

ਸਿਹਤ ਮੰਤਰੀ ਨੇ ਮੁਫ਼ਤ ਦਵਾਈਆਂ ਸਬੰਧੀ ਪਹਿਲਕਦਮੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ, ਜਿਸ ਵਿੱਚ ਜ਼ਰੂਰੀ ਦਵਾਈਆਂ ਦੀ 100 ਫ਼ੀਸਦੀ ਉਪਲਬਧਤਾ ਨੂੰ ਲਾਜ਼ਮੀ ਬਣਾਉਣ ਦੇ ਨਾਲ ਨਾਲ ਦਵਾਈਆਂ ਘਾਟ ਨੂੰ ਰੋਕਣ ਲਈ ਪਾਰਦਰਸ਼ੀ ਢੰਗ ਨਾਲ ਸਟਾਕ ਪ੍ਰਬੰਧਨ ਯਕੀਨੀ ਬਣਾਇਆ ਗਿਆ ਹੈ।

ਉਨ੍ਹਾਂ ਨੇ ਐਸਐਮਓਜ਼ ਨੂੰ 30 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਦੀ ਹਾਈਪਰਟੈਨਸ਼ਨ, ਸ਼ੂਗਰ ਅਤੇ ਕੈਂਸਰ ਲਈ ਐਨਸੀਡੀ ਸਕ੍ਰੀਨਿੰਗ ਪ੍ਰੋਗਰਾਮ ਦੀ ਨਿਗਰਾਨੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਅਤੇ ਟੀਬੀ ਮੁਕਤ ਅਭਿਆਨ 100-ਦਿਨਾਂ ਮੁਹਿੰਮ ਤਹਿਤ ਕੇਸਾਂ ਦਾ ਪਤਾ ਲਗਾਉਣ ਅਤੇ ਇਲਾਜ ਸਬੰਧੀ ਸਖ਼ਤ ਨਿਗਰਾਨੀ ਕਰਨ ਲਈ ਕਿਹਾ।

ਆਪਣੇ ਡਾਕਟਰੀ ਕਰੀਅਰ ਦਾ ਇੱਕ ਕਿੱਸਾ ਸਾਂਝਾ ਕਰਦਿਆਂ, ਉਨ੍ਹਾਂ ਦੱਸਿਆ ਕਿ ਇੱਕ ਵਾਰ ਉਨ੍ਹਾਂ ਦੀ ਬਦਲੀ ਸੀਐਚਸੀ ਕੌਲੀ ਤੋਂ ਜ਼ਿਲ੍ਹਾ ਪਟਿਆਲਾ ਵਿਖੇ ਹੋਈ ਪਰ ਪਿੰਡ ਦੇ ਲੋਕ ਉਸ ਸਮੇਂ ਦੇ ਸਿਹਤ ਮੰਤਰੀ ਅਤੇ ਮੁੱਖ ਮੰਤਰੀ ਕੋਲ ਗਏ ਤਾਂ ਜੋ ਪਿੰਡ ਤੋਂ ਮੇਰੀ ਬਦਲੀ ਰੋਕੀ ਜਾ ਸਕੇ। ਉਨ੍ਹਾਂ ਡਾਕਟਰਾਂ ਨੂੰ ਭਾਈਚਾਰੇ ਵਿੱਚ ਅਜਿਹੇ ਹੀ ਜੋਸ਼ ਨਾਲ ਸੇਵਾਵਾਂ ਨਿਭਾਉਣ ਲਈ ਉਤਸ਼ਾਹਿਤ ਕੀਤਾ।

ਡਾ. ਬਲਬੀਰ ਸਿੰਘ ਨੇ ਨੈਤਿਕਤਾ, ਖੁਸ਼ ਮਿਜ਼ਾਜ਼ੀ ਅਤੇ ਹਮਦਰਦੀ ਨਾਲ ਸੇਵਾ ਕਰਨ ਲਈ ਪ੍ਰੇਰਿਤ ਕਰਦਿਆਂ ਭਾਈਚਾਰੇ ਨਾਲ ਸਾਂਝ ਬਣਾਉਣ 'ਤੇ ਜ਼ੋਰ ਦਿੱਤਾ ਕਿਉਂਕਿ ਕਈ ਵਾਰ ਸਾਧਾਰਨ ਚੀਜ਼ਾਂ ਵੀ ਵੱਡਾ ਫ਼ਰਕ ਪਾ ਸਕਦੀਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇੱਕ ਸਿਹਤਮੰਦ, ਨਸ਼ਾ ਮੁਕਤ ਅਤੇ ਸਸ਼ਕਤ ਪੰਜਾਬ - ਸਿਹਤਮੰਦ ਅਤੇ ਰੰਗਲਾ ਪੰਜਾਬ – ਸਿਰਜਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਕਿਹਾ।

ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਅਤੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿਤੀ ਸਲਾਰੀਆ ਨੇ ਵੀ ਨਵੇਂ ਪਦਉੱਨਤ ਹੋਏ ਐਸਐਮਓਜ਼ ਨੂੰ ਕੁਸ਼ਲਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ।

ਪ੍ਰੋਗਰਾਮ ਅਫਸਰ (ਸਿਖਲਾਈ) ਡਾ. ਪਰਵਿੰਦਰ ਕੌਰ ਅਤੇ ਹੋਰ ਸਟੇਟ ਪ੍ਰੋਗਰਾਮ ਅਫਸਰ ਸਾਰੇ ਭਾਗੀਦਾਰਾਂ ਨੂੰ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੇ ਸਫਲਤਾਪੂਰਵਕ ਲਾਗੂਕਰਨ ਬਾਰੇ ਵਿਸਥਾਰ ਨਾਲ ਸਿਖਲਾਈ ਦੇਣਗੇ।

ਚੰਦੂਮਾਜਰਾ ਨੇ ਕਿਹਾ : ਅਸੀਂ ਅਦਾਲਤ ’ਚ ਇਕ ਕੇਸ ਦੇ ਮਾਮਲੇ ਵਿਚ ਪੇਸ਼ ਹੋਣ ਲਈ ਹੋਏ ਸੀ ਇਕੱਠੇ
ਚੰਡੀਗੜ੍ਹ/ਬਿਊਰੋ ਨਿਊਜ਼  
ਸ਼ੋ੍ਰਮਣੀ ਅਕਾਲੀ ਦਲ ਅਤੇ ਇਸ ਤੋਂ ਵੱਖ ਹੋਏ ਧੜੇ ਦੇ ਇਕ ਮੰਚ ’ਤੇ ਇਕੱਠੇ ਹੋਣ ਦੀਆਂ ਅਟਕਲਾਂ ਦੇ ਵਿਚਕਾਰ ਸ਼ੋਸ਼ਲ ਮੀਡੀਆ ’ਤੇ ਸਾਹਮਣੇ ਆਈ ਇਕ ਵੀਡੀਓ ਕਲਿੱਪ ਚਰਚਾ ਦਾ ਵਿਸ਼ਾ ਬਣ ਗਈ ਹੈ। ਇਸ ਵੀਡੀਓ ਕਲਿੱਪ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਅਕਾਲੀ ਦਲ ਦੇ ਵੱਖਰੇ ਧੜ੍ਹੇ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ, ਇਕ ਇਮਾਰਤ ਦੀ ਲਾਬੀ ਵਿਚ ਇਕੱਠੇ ਨਜ਼ਰ ਆਏ। ਇਨ੍ਹਾਂ ਆਗੂਆਂ ਨੇ ਇਕ ਦੂਜੇ ਦਾ ਹਾਲ-ਚਾਲ ਵੀ ਪੁੱਛਿਆ। ਮੀਡੀਆ ਰਿਪੋਰਟਾਂ ਮੁਤਾਬਕ ਇਹ ਤਿੰਨੋਂ ਆਗੂ ਇਕ ਪੁਰਾਣੇ ਕੇਸ ਦੇ ਮਾਮਲੇ ਵਿਚ ਚੰਡੀਗੜ੍ਹ ਦੀ ਅਦਾਲਤ ਵਿਚ ਪੇਸ਼ ਹੋਣ ਲਈ ਪਹੁੰਚੇ ਸਨ। ਜ਼ਿਕਰਯੋਗ ਹੈ ਕਿ ਚੰਦੂਮਾਜਰਾ ਅਤੇ ਰੱਖੜਾ ਨੇ ਬਾਦਲਾਂ ਦੇ ਖਿਲਾਫ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ‘ਅਕਾਲੀ ਦਲ ਪੁਨਰ ਸੁਰਜੀਤ’ ਦੀ ਪ੍ਰਮੁੱਖਤਾ ਨਾਲ ਅਗਵਾਈ ਕੀਤੀ ਸੀ। ਲੰਘੇ ਦਿਨੀਂ ਮਜੀਠੀਆ ਨੇ ਇਹ ਵੀ ਕਿਹਾ ਸੀ ਕਿ ਉਹ ਬਾਗੀ ਅਕਾਲੀ ਆਗੂਆਂ ਨੂੰ ਪਾਰਟੀ ਵਿਚ ਵਾਪਸ ਲਿਆਉਣ ਲਈ ਉਨ੍ਹਾਂ ਕੋਲ ਨੰਗੇ ਪੈਰੀਂ ਜਾਣ ਤੋਂ ਵੀ ਗੁਰੇਜ਼ ਨਹੀਂ ਕਰਨਗੇ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.