Monday, 20 April 2026

ਅਰਵਿੰਦ ਕੇਜਰੀਵਾਲ ਅਤੇ ਸੀ.ਐਮ. ਭਗਵੰਤ ਮਾਨ ਕਰਨਗੇ ਸ਼ੁਰੂਆਤ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਵਿਚ 10 ਲੱਖ ਰੁਪਏ ਤੱਕ ਮੁਫਤ ਇਲਾਜ ਵਾਲੀ ਸਕੀਮ ਆਉਂਦੀ 15 ਜਨਵਰੀ ਤੋਂ ਲਾਂਚ ਹੋਵੇਗੀ। ਇਸਦਾ ਐਲਾਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਹੈ। ਡਾ. ਬਲਬੀਰ ਸਿੰਘ ਨੇ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਇਸ ਸਕੀਮ ਨੂੰ ਲਾਂਚ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਨਾਲ 3 ਕਰੋੜ ਵਿਅਕਤੀਆਂ ਨੂੰ ਪੰਜਾਬ ਵਿਚ ਸਿਹਤ ਬੀਮਾ ਮਿਲੇਗਾ। ਮੰਤਰੀ ਨੇ ਦੱਸਿਆ ਕਿ 9 ਹਜ਼ਾਰ ਤੋਂ ਜ਼ਿਆਦਾ ਕੌਮਨ ਸਰਵਿਸ ਸੈਂਟਰਾਂ ਵਿਚ ਇਸ ਸਬੰਧੀ ਕਾਰਡ ਬਣਨਗੇ ਅਤੇ ਇਸ ਲਈ ਕੈਂਪ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕਾਰਡ ਬਣਨ ਵਿਚ 10 ਤੋਂ 15 ਦਿਨ ਲੱਗਣਗੇ ਅਤੇ ਕਰੀਬ 4 ਮਹੀਨਿਆਂ ਵਿਚ ਪੂਰੇ ਪੰਜਾਬ ਨੂੰ ਕਵਰ ਕਰ ਲਿਆ ਜਾਵੇਗਾ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਜਿਸ ਵਿਅਕਤੀ ਕੋਲ ਪੰਜਾਬ ਦਾ ਅਧਾਰ ਕਾਰਡ ਅਤੇ ਵੋਟਰ ਕਾਰਡ ਹੋਵੇਗਾ, ਉਸ ਨੂੰ ਇਸਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਕਰੀਬ 65 ਲੱਖ ਪਰਿਵਾਰਾਂ ਨੂੰ ਇਸਦਾ ਲਾਭ ਮਿਲੇਗਾ।

ਅੰਮਿ੍ਰਤਸਰ/ਬਿਊਰੋ ਨਿਊਜ਼

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਕਿਹਾ ਹੈ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਅਤੇ ਗੰਭੀਰ ਮਾਮਲਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਹੁਣ ਤੱਕ ਇਕ ਗਿ੍ਰਫਤਾਰੀ ਹੋ ਚੁੱਕੀ ਹੈ, ਜਦਕਿ 16 ਵਿਅਕਤੀਆਂ ਖਿਲਾਫ ਐਫ.ਆਈ.ਆਰ. ਦਰਜ ਹੈ। ਸੰਧਵਾਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਦਾ ਕੰਮ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਹੈ ਅਤੇ ਕਿਸੇ ਨਾਲ ਵੀ ਨਾਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਦੇ ਅਧਾਰ ’ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜੇ ਲੋੜ ਪਈ ਤਾਂ ਹੋਰ ਗਿ੍ਰਫਤਾਰੀਆਂ ਵੀ ਹੋ ਸਕਦੀਆਂ ਹਨ। ਸਪੀਕਰ ਨੇ ਕਿਹਾ ਕਿ ਜਿਹੜੇ ਲੋਕ ਸੱਚ ਅਤੇ ਇਨਸਾਫ ਦੀ ਮੰਗ ਕਰ ਰਹੇ ਹਨ, ਉਨ੍ਹਾਂ ਦੀ ਆਵਾਜ਼ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲੇਗੀ।

ਰਾਜਾ ਵੜਿੰਗ ਨੇ ਕਿਹਾ : ਸੈਲਫ ਡਿਕਲੇਅਰਡ ਬੰਦਾ ਸੀਐਮ ਨਹੀਂ ਬਣੇਗਾ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਕਾਂਗਰਸ ਵਿਚ ਇਨ੍ਹੀਂ ਦਿਨੀਂ ਖੁਦ ਨੂੰ ਮੁੱਖ ਮੰਤਰੀ ਚਿਹਰਾ ਪ੍ਰੋਜੈਕਟ ਕਰਨ ਦੀ ਹੋੜ ਜਿਹੀ ਲੱਗੀ ਹੋਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਆਗੂ ਖੁਦ ਨੂੰ ਸੀਐਮ ਅਹੁਦੇ ਦਾ ਦਾਅਵੇਦਾਰ ਪ੍ਰੋਜੈਕਟ ਕਰ ਰਹੇ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਹੈ ਕਿ ਸੈਲਫ ਡਿਕਲੇਅਰਡ ਬੰਦਾ ਮੁੱਖ ਮੰਤਰੀ ਨਹੀਂ ਬਣੇਗਾ। ਵੜਿੰਗ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਐਲਾਨਣ ਦਾ ਅਧਿਕਾਰ ਸਿਰਫ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ ਕੋਲ ਹੈ। ਵੜਿੰਗ ਨੇ ਇਹ ਵੀ ਕਿਹਾ ਕਿ ਜੋ ਖੁਦ ਨੂੰ ਸੀਐਮ ਚਿਹਰਾ ਦਿਖਾਏਗਾ, ਉਸਦਾ ਨੁਕਸਾਨ ਹੀ ਹੋਵੇਗਾ।

ਮਨਰੇਗਾ ਬਾਰੇ ਝੂਠ ਬੋਲਣ ਦੇ ਲਗਾਏ ਇਲਜ਼ਾਮ

ਚੰਡੀਗੜ੍ਹ/ਬਿਊਰੋ ਨਿਊਜ਼   

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਮਨਰੇਗਾ ਦਾ ਨਾਮ ਬਦਲਣ ਦੇ ਨਾਲ-ਨਾਲ ਇਸ ਵਿਚ ਬਦਲਾਅ ਕਰਨ ’ਤੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਿਚ ਟਕਰਾਅ ਵਧਦਾ ਜਾ ਰਿਹਾ ਹੈ। ਪਹਿਲਾਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਅਤੇ ਬਾਅਦ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ’ਤੇ ਸਵਾਲ ਉਠਾਏ ਗਏ। ਇਸ ਨੂੰ ਲੈ ਕੇ ਪੰਜਾਬ ਭਾਜਪਾ ਦੇ ਆਗੂਆਂ ਨੇ ਇਸ ਦਾ ਜਵਾਬ ਦਿੱਤਾ ਹੈ। ਪੰਜਾਬ ਭਾਜਪਾ ਦੇ ਸਕੱਤਰ ਅਨਿਲ ਸਰੀਨ ਅਤੇ ਪਾਰਟੀ ਦੇ ਬੁਲਾਰੇ ਵਿਨੀਤ ਜੋਸ਼ੀ ਨੇ ਇਲਜ਼ਾਮ ਲਗਾਇਆ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਲੋਕਾਂ ਨੂੰ ਗਲਤ ਜਾਣਕਾਰੀ ਦੇ ਰਹੇ ਹਨ। ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਸਰਕਾਰ ਝੂਠ ਬੋਲ ਰਹੀ ਹੈ। ਸਰੀਨ ਅਤੇ ਜੋਸ਼ੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪਹਿਲਾਂ ਆਟਾ-ਦਾਲ ਦੇ ਨਾਲ-ਨਾਲ ਦੇਸੀ ਘੀ ਦੇਣ ਦੇ ਦਾਅਵੇ ਕਰ ਰਹੀ ਸੀ, ਪਰ ਹੁਣ ਆਟਾ-ਦਾਲ ਵੀ ਗਰੀਬਾਂ ਨੂੰ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਮਨਰੇਗਾ ਯੋਜਨਾ ਵਿਚ ਸੁਧਾਰ ਜ਼ਰੂਰੀ ਸੀ। ਧਿਆਨ ਰਹੇ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਦਾ ਨਾਮ ਬਦਲ ਕੇ ਹੁਣ ‘ਵਿਕਸਿਤ ਭਾਰਤ-ਜੀ ਰਾਮ ਜੀ’ ਰੱਖ ਦਿੱਤਾ ਗਿਆ ਹੈ।  

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਕੋਹਲੀ ਦੀ ਹੋਈ ਹੈ ਗਿ੍ਰਫਤਾਰੀ

ਅੰਮਿ੍ਰਤਸਰ/ਬਿਊਰੋ ਨਿਊਜ਼  

ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਅਤੇ ਬੇਅਦਬੀ ਮਾਮਲੇ ਵਿਚ ਪੰਜਾਬ ਪੁਲਿਸ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਔਡੀਟਰ ਸਤਿੰਦਰ ਸਿੰਘ ਕੋਹਲੀ ਨੂੰ ਲੰਘੇ ਕੱਲ੍ਹ ਗਿ੍ਰਫਤਾਰ ਕਰ ਲਿਆ ਸੀ। ਇਸ ਤੋਂ ਬਾਅਦ ਰਾਤ ਦੇ ਹਨ੍ਹੇਰੇ ਵਿਚ ਕੋਹਲੀ ਨੂੰ ਅੰਮਿ੍ਰਤਸਰ ’ਚ ਮਾਨਯੋਗ ਡਿਊਟੀ ਮੈਜਿਸਟਰੇਟ ਗੌਰਵ ਕੁਮਾਰ ਸ਼ਰਮਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸਦੇ ਚੱਲਦਿਆਂ ਅਦਾਲਤ ਵਲੋਂ 6 ਦਿਨਾਂ ਦੇ ਲਈ ਸਤਿੰਦਰ ਸਿੰਘ ਕੋਹਲੀ ਨੂੰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਇਸੇ ਦੌਰਾਨ ਕਈ ਪੱਤਰਕਾਰਾਂ ਨੇ ਇਲਜ਼ਾਮ ਲਗਾਇਆ ਕਿ ਕੋਹਲੀ ਦੀ ਪੇਸ਼ੀ ਮੌਕੇ ਉਨ੍ਹਾਂ ਨਾਲ ਪੁਲਿਸ ਦੀ ਟੀਮ ਨੇ ਧੱਕਾਮੁੱਕੀ ਕੀਤੀ ਹੈ। ਜਿਸਦੀ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਨਿੰਦਾ ਕੀਤੀ ਗਈ ਹੈ।

ਅੰਮਿ੍ਰਤਸਰ/ਬਿਊਰੋ ਨਿਊਜ਼  

ਨਵੇਂ ਸਾਲ 2026 ਦੀ ਆਮਦ ’ਤੇ ਦੇਸ਼ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਲਿਆ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦੱਸਣਯੋਗ ਹੈ ਕਿ  ਲੰਘੇ ਕੱਲ੍ਹ ਤੋਂ ਹੀ ਲੱਖਾਂ ਦੀ ਗਿਣਤੀ ਵਿਚ ਸਿੱਖ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਗਏ ਸਨ। ਹਰ ਪਾਸੇ ਸੰਗਤਾਂ ਦਾ ਸੈਲਾਬ ਨਜ਼ਰ ਆ ਰਿਹਾ ਸੀ। ਸ਼ਰਧਾਲੂਆਂ ਨੇ ਨਾਮ ਸਿਮਰਨ ਕਰਦਿਆਂ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ ਨਵੇਂ ਸਾਲ ਦਾ ਸਵਾਗਤ ਕੀਤਾ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਹਰ ਸਾਲ ਵਾਂਗ ਨਵੇਂ ਸਾਲ ਦੀ ਆਮਦ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ।

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ਵਿਚ ਠੰਡ ਨੇ ਲੋਕਾਂ ਨੂੰ ਕਾਂਬਾ ਛੇੜ ਦਿੱਤਾ ਹੈ। ਲੰਘੇ ਕੱਲ੍ਹ ਨਵੇਂ ਸਾਲ ਮੌਕੇ ਕਈ ਇਲਾਕਿਆਂ ਵਿਚ ਪਏ ਮੀਂਹ ਨੇ ਠੰਡ ਵਿਚ ਵਾਧਾ ਕਰ ਦਿੱਤਾ ਹੈ। ਇਸੇ ਦੌਰਾਨ ਮੌਸਮ ਵਿਭਾਗ ਨੇ ਹਿਮਾਚਲ ਵਿਚ ਬਰਫਬਾਰੀ ਅਤੇ ਪੰਜਾਬ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ 7 ਜਨਵਰੀ ਤੱਕ ਲੋਕਾਂ ਨੂੰ ਧੁੰਦ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਰਾਤਾਂ ਜ਼ਿਆਦਾ ਠੰਡੀਆਂ ਹੋਣਗੀਆਂ। ਇਸੇ ਦੌਰਾਨ ਹਿਮਾਚਲ ਪ੍ਰਦੇਸ਼ ਦੇ ਉਚੇ ਇਲਾਕਿਆਂ ਵਿਚ ਬਰਫਬਾਰੀ ਹੋਈ ਹੈ ਅਤੇ ਹੋਰ ਵੀ ਬਰਫਬਾਰੀ ਹੋ ਸਕਦੀ ਹੈ। ਇਸਦੇ ਚੱਲਦਿਆਂ ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਠੰਡ ਦੇ ਮੌਸਮ ਵਿਚ ਬਗੈਰ ਕੰਮ ਤੋਂ ਘਰਾਂ ਤੋਂ ਬਾਹਰ ਨਾ ਜਾਇਆ ਜਾਵੇ ਅਤੇ ਆਪਣੀ ਸਿਹਤ ਦਾ ਖਾਸ ਧਿਆਨ ਰੱਖਿਆ ਜਾਵੇ। ਇਹ ਵੀ ਕਿਹਾ ਗਿਆ ਕਿ ਅਜਿਹੇ ਧੁੰਦ ਦੇ ਮੌਸਮ ਵਿਚ ਵਾਹਨਾਂ ਨੂੰ ਬਹੁਤਾ ਤੇਜ਼ ਨਾਲ ਚਲਾਇਆ ਜਾਵੇ। 

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਸਰਕਾਰ ਨੇ ਕੜਾਕੇ ਦੀ ਠੰਡ ਅਤੇ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਸੂਬੇ ਦੇ ਸਾਰੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਵਾਂਗ ਖੁੱਲ੍ਹਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕੀਤੀ ਹੈ। ਧਿਆਨ ਰਹੇ ਕਿ ਮੌਸਮ ਵਿਭਾਗ ਵਲੋਂ ਵੀ ਠੰਡ ਅਤੇ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਰਕੇ ਸਵੇਰ ਵੇਲੇ ਸਕੂਲ ਜਾਣ ਵਾਲੇ ਬੱਚਿਆਂ ਲਈ ਮੁਸ਼ਕਲ ਬਣੀ ਹੋਈ ਸੀ।


ਮੰਡੀ ਗੋਬਿੰਦਗੜ੍ਹ, 1 ਜਨਵਰੀ: ਭਾਰਤੀ ਉੱਚ ਸਿੱਖਿਆ ਲਈ ਇਹ ਇਕ ਮਾਣ ਵਾਲੀ ਗੱਲ ਹੈ ਕਿ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੂੰ ਵਰਲਡ ਬੁੱਕ ਆਫ਼ ਰਿਕਾਰਡਜ਼, ਲੰਡਨ ਦੁਆਰਾ ਸੂਚਿਤ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਮਈ 2026 ਵਿੱਚ ਯੂਕੇ ਸੰਸਦ ਦੇ ਹਾਊਸ ਆਫ਼ ਲਾਰਡਜ਼ ਵਿਖੇ 10ਵੇਂ ਪੁਰਸਕਾਰ ਸਮਾਰੋਹ ਦੌਰਾਨ ਰਸਮੀ ਤੌਰਤੇ ਸਰਟੀਫਿਕੇਟ ਆਫ਼ ਐਕਸੀਲੈਂਸ ਪੇਸ਼ ਕੀਤਾ ਜਾਵੇਗਾ
ਇਹ ਸਨਮਾਨ ਡਾ. ਜ਼ੋਰਾ ਸਿੰਘ ਦੀਆਂ ਸ਼ਾਨਦਾਰ ਪ੍ਰਾਪਤੀਆਂ, ਦੂਰਦਰਸ਼ੀ ਅਗਵਾਈ ਅਤੇ ਸਿੱਖਿਆ, ਸੰਸਥਾ-ਨਿਰਮਾਣ ਅਤੇ ਰਾਸ਼ਟਰ-ਨਿਰਮਾਣ ਵਿੱਚ ਜੀਵਨ ਭਰ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਦਿੱਤਾ ਜਾ ਰਿਹਾ ਹੈ ਹਾਊਸ ਆਫ਼ ਲਾਰਡਜ਼ ਵਿਖੇ ਇਹ ਸਨਮਾਨ ਅਕਾਦਮਿਕ ਖੇਤਰ ਅਤੇ ਸਮਾਜਤੇ ਉਨ੍ਹਾਂ ਦੇ ਸਥਾਈ ਪ੍ਰਭਾਵ ਦੀ ਵਿਸ਼ਵਵਿਆਪੀ ਮਾਨਤਾ ਨੂੰ ਦਰਸਾਉਂਦੀ ਹੈ
ਵਰਲਡ ਬੁੱਕ ਆਫ਼ ਰਿਕਾਰਡਜ਼ ਨੇ ਜ਼ਿਕਰ ਕੀਤਾ ਹੈ ਕਿ ਇਸ ਵਿਸ਼ੇਸ਼ ਪੇਸ਼ਕਾਰੀ ਦੀ ਇਸ ਲਈ ਯੋਜਨਾ ਬਣਾਈ ਗਈ ਹੈ ਕਿਉਂਕਿ ਡਾ. ਜ਼ੋਰਾ ਸਿੰਘ ਆਪਣੇ ਰੁਝੇਵਿਆਂ ਕਾਰਨ ਦਸੰਬਰ 2025 ਵਿੱਚ ਹਾਊਸ ਆਫ਼ ਕਾਮਨਜ਼ ਵਿਖੇ ਆਯੋਜਿਤ 9ਵੇਂ ਪੁਰਸਕਾਰ ਸਮਾਰੋਹ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ ਅਤੇ ਸੰਗਠਨ ਨੇ ਯੂਕੇ ਸੰਸਦ ਵਿੱਚ ਹੋਣ ਵਾਲੇ ਸਮਾਰੋਹ ਵਿੱਚ ਉਨ੍ਹਾਂ ਨੂੰ ਨਿੱਜੀ ਤੌਰਤੇ ਸਨਮਾਨਿਤ ਕਰਨ ਦੀ ਇੱਛਾ ਪ੍ਰਗਟ ਕੀਤੀ ਹੈ
ਇਸ ਮੌਕੇ ਧੰਨਵਾਦ ਪ੍ਰਗਟ ਕਰਦੇ ਹੋਏ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਮੈਂ ਇਸ ਮਾਨਤਾ ਨੂੰ ਉਨ੍ਹਾਂ ਸਾਰੇ ਸਿੱਖਿਅਕਾਂ, ਵਿਦਿਆਰਥੀਆਂ ਅਤੇ ਸੰਸਥਾਵਾਂ ਲਈ ਸਮੂਹਿਕ ਸਨਮਾਨ ਵਜੋਂ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ ਜੋ ਵਿਸ਼ਵਾਸ ਕਰਦੇ ਹਨ ਕਿ ਸਿੱਖਿਆ ਰਾਸ਼ਟਰ-ਨਿਰਮਾਣ ਅਤੇ ਸਮਾਜਿਕ ਤਬਦੀਲੀ ਲਈ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ ਇਹ ਮਾਨਤਾ ਇਕੱਲੇ ਵਿਅਕਤੀ ਦੀ ਨਹੀਂ ਹੈ, ਸਗੋਂ ਮੁੱਲ-ਅਧਾਰਿਤ, ਸਮਾਵੇਸ਼ੀ ਅਤੇ ਵਿਸ਼ਵ ਪੱਧਰਤੇ ਸੰਬੰਧਿਤ ਸਿੱਖਿਆ ਰਾਹੀਂ ਸਮਾਜ ਨੂੰ ਸਸ਼ਕਤ ਬਣਾਉਣ ਦੇ ਵੱਡੇ ਮਿਸ਼ਨ ਦੀ ਹੈ
ਉਨ੍ਹਾਂ ਦੀ ਪ੍ਰੇਰਨਾਦਾਇਕ ਅਗਵਾਈ ਹੇਠ, ਦੇਸ਼ ਭਗਤ ਯੂਨੀਵਰਸਿਟੀ ਇੱਕ ਰਾਸ਼ਟਰੀ ਪੱਧਰਤੇ ਸਤਿਕਾਰਤ ਅਤੇ ਵਿਸ਼ਵ ਪੱਧਰਤੇ ਜੁੜੀ ਸੰਸਥਾ ਵਜੋਂ ਵਿਕਸਤ ਹੋਈ ਹੈ, ਜੋ ਅਕਾਦਮਿਕ ਉੱਤਮਤਾ, ਨਵੀਨਤਾ, ਨੈਤਿਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਵਚਨਬੱਧ ਹੈ
ਦੇਸ਼ ਭਗਤ ਯੂਨੀਵਰਸਿਟੀ ਦੇ ਸਮੂਹ ਪ੍ਰਬੰਧਨ, ਫੈਕਲਟੀ, ਸਟਾਫ਼, ਵਿਦਿਆਰਥੀ ਅਤੇ ਸਾਬਕਾ ਵਿਦਿਆਰਥੀਆਂ ਨੇ ਇਸ ਅੰਤਰਰਾਸ਼ਟਰੀ ਮਾਨਤਾਤੇ ਡੂੰਘਾ ਮਾਣ ਪ੍ਰਗਟ ਕੀਤਾ ਹੈ
ਯੂਕੇ ਸੰਸਦ ਦੇ ਹਾਊਸ ਆਫ਼ ਲਾਰਡਸ ਵਿਖੇ ਹੋਣ ਵਾਲਾ ਇਹ ਸਨਮਾਨ ਸਮਾਰੋਹ, ਡਾ. ਜ਼ੋਰਾ ਸਿੰਘ ਦੇ ਸ਼ਾਨਦਾਰ ਸਫ਼ਰ ਵਿੱਚ ਇੱਕ ਹੋਰ ਮੀਲ ਪੱਥਰ ਹੈ ਅਤੇ ਵਿਸ਼ਵਵਿਆਪੀ ਸਿੱਖਿਆ ਅਤੇ ਵਿਚਾਰਧਾਰਾ ਦੀ ਅਗਵਾਈ ਵਿੱਚ ਭਾਰਤ ਦੇ ਵਧ ਰਹੇ ਕੱਦ ਨੂੰ ਹੋਰ ਮਜ਼ਬੂਤ ਕਰਦਾ ਹੈ

ਆਧੁਨਿਕ ਸੌਫਟਵੇਅਰ ਅਤੇ ਹਾਈਟੈਕ ਕੈਮਰਿਆਂ ਨਾਲ ਲੈਸ ਹੋਵੇਗੀ ਪੰਜਾਬ ਪੁਲਿਸ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਪੁਲਿਸ ਨੇ ਸੂਬੇ ਦੀ ਸੁਰੱਖਿਆ ਅਤੇ ਸਰਹੱਦ ਪਾਰੋਂ ਹੋਣ ਵਾਲੀ ਡਰੋਨ ਤਸਕਰੀ ਰੋਕਣ ਲਈ ਵੱਡੀ ਯੋਜਨਾ ਤਿਆਰ ਕੀਤੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਅਗਲੇ ਵਿੱਤੀ ਸਾਲ ਵਿਚ 17 ਨਵੇਂ ਐਂਟੀ-ਡਰੋਨ ਸਿਸਟਮ ਖਰੀਦਣ ਲਈ ਕੇਂਦਰ ਸਰਕਾਰ ਕੋਲੋਂ 175 ਕਰੋੜ ਰੁਪਏ ਦੇ ਫੰਡਾਂ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਤਿੰਨ ਸਿਸਟਮ ਸਰਹੱਦੀ ਖੇਤਰਾਂ ਵਿਚ ਕੰਮ ਕਰ ਰਹੇ ਹਨ ਅਤੇ ਹੋਰ 6 ਸਿਸਟਮ ਜਲਦੀ ਹੀ ਚਾਲੂ ਕਰ ਦਿੱਤੇ ਜਾਣਗੇ। ਡੀਜੀਪੀ ਨੇ ਖੁਲਾਸਾ ਕੀਤਾ ਕਿ ਅਪਰਾਧ ਨਾਲ ਵਿਗਿਆਨਕ ਤਰੀਕੇ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਦੋ ਨਵੇਂ ਸੌਫਟਵੇਅਰ ਲਾਂਚ ਕਰੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਹਾਈਟੈਕ ਕੈਮਰਿਆਂ ਨਾਲ ਵੀ ਲੈਸ ਹੋਵੇਗੀ। 

328 ਪਾਵਨ ਸਰੂਪਾਂ ਦੇ ਮਾਮਲੇ ’ਚ ਹੋਇਆ ਐਕਸ਼ਨ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਅਤੇ ਬੇਅਦਬੀ ਮਾਮਲੇ ਵਿਚ ਪੁਲਿਸ ਨੇ ਐਕਸ਼ਨ ਲਿਆ ਹੈ। ਪੁਲਿਸ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਆਡੀਟਰ ਅਤੇ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਸਤਿੰਦਰ ਸਿੰਘ ਕੋਹਲੀ ਨੂੰ ਗਿ੍ਰਫਤਾਰ ਕਰ ਲਿਆ ਹੈ। ਇਹ ਮਾਮਲਾ 2020 ਤੋਂ ਚਰਚਾ ਵਿਚ ਹੈ, ਜਦੋਂ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗਠਿਤ ਜਾਂਚ ਕਮੇਟੀ ਨੇ ਉਨ੍ਹਾਂ ਦੀ ਲਾਪਰਵਾਹੀ ਸਾਹਮਣੇ ਲਿਆਂਦੀ ਸੀ। ਹਾਲ ਹੀ ਵਿਚ ਪੰਜਾਬ ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਸੀ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਸਵਾਲ ਚੁੱਕੇ ਸਨ। ਸ਼ੋ੍ਰਮਣੀ ਕਮੇਟੀ ਵਲੋਂ ਔਡਿਟ, ਖਾਤਿਆਂ ਦੇ ਕੰਪਿਊਟਰੀਕਰਨ ਅਤੇ ਨਿਯੰਤਰਣ ਪ੍ਰਣਾਲੀ ਦੇ ਲਈ ਐਸ.ਐਸ. ਕੋਹਲੀ ਐਂਡ ਐਸੋਸੀਏਟ ਫਰਮ ਨੂੰ  ਸਾਢੇ 3 ਲੱਖ ਰੁਪਏ ਮਹੀਨਾ ਭੁਗਤਾਨ ਕੀਤਾ ਜਾ ਰਿਹਾ ਸੀ। 

ਡੋਗਰਾ ਫਾਜ਼ਿਲਕਾ ਵਿਚ ਏ.ਆਈ.ਜੀ. ਸਟੇਟ ਸਪੈਸ਼ਲ ਅਪਰੇਸ਼ਨ ਸੈਲ ਨਿਯੁਕਤ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਪੁਲਿਸ ਵਿਭਾਗ ਵਿਚ ਫੇਰਬਦਲ ਕੀਤਾ ਗਿਆ ਹੈ। ਇਸਦੇ ਚੱਲਦਿਆਂ ਜਲੰਧਰ ਦੇ ਡੀ.ਸੀ.ਪੀ. ਨਰੇਸ਼ ਡੋਗਰਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਨਰੇਸ਼ ਡੋਗਰਾ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈਲ ਫਾਜ਼ਿਲਕਾ ਵਿਚ ਏ.ਆਈ.ਜੀ. ਦੇ ਅਹੁਦੇ ’ਤੇ ਤੈਨਾਤ ਕੀਤਾ ਗਿਆ ਹੈ। ਨਰੇਸ਼ ਡੋਗਰਾ ਨੇ ਜਲੰਧਰ ਵਿਚ ਤੈਨਾਤੀ ਦੌਰਾਨ ਕਈ ਅਹਿਮ ਮਾਮਲਿਆਂ ਵਿਚ ਸਰਗਰਮ ਭੂਮਿਕਾ ਨਿਭਾਈ ਹੈ। ਨਰੇਸ਼ ਡੋਗਰਾ ਨੇ ਆਪਣੇ ਤਬਾਦਲੇ ਤੋਂ ਬਾਅਦ ਕਿਹਾ ਕਿ ਵਿਭਾਗ ਵਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪੰਜਾਬ ਵਿਚ ਅਪਰਾਧ ਨੂੰ ਨੱਥ ਪਾਈ ਜਾਵੇਗੀ। ਇਸਦੇ ਨਾਲ ਹੀ ਮੁਹਾਲੀ ਵਿਚ ਤੈਨਾਤ ਪੀ.ਪੀ.ਐਸ. ਦਮਨਬੀਰ ਸਿੰਘ ਦਾ ਵੀ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੀ ਨਿਯੁਕਤੀ ਹੁਣ ਚੰਡੀਗੜ੍ਹ ਵਿਚ ਹੋਵੇਗੀ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.