Monday, 20 April 2026

ਕਰਨਾਟਕ ਦੇ ਡਿਪਟੀ ਮੁੱਖ ਮੰਤਰੀ ਡੀ.ਕੇ. ਸ਼ਿਵ ਕੁਮਾਰ ਨੇ ਡਾ. ਸਿੱਧੂ ਨੂੰ ਦਿੱਤੀ ਨਵੀਂ ਸਲਾਹ
ਚੰਡੀਗੜ੍ਹ/ਬਿਊਰੋ ਨਿਊਜ਼
ਡਾ. ਨਵਜੋਤ ਕੌਰ ਸਿੱਧੂ ਵਲੋਂ 500 ਕਰੋੜ ਰੁਪਏ ਬਾਰੇ ਕੀਤੀ ਟਿੱਪਣੀ ਨਾਲ ਸਿਆਸੀ ਹਲਕਿਆਂ ਵਿਚ  ਹਲਚਲ ਮਚੀ ਹੋਈ ਹੈ। ਇਸਦੇ ਚੱਲਦਿਆਂ ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵ ਕੁਮਾਰ ਨੇ ਕਾਂਗਰਸ ਆਗੂ ਡਾ. ਨਵਜੋਤ ਕੌਰ ਸਿੱਧੂ ਨੂੰ ਨਵੀਂ ਸਲਾਹ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਕਿਸੇ ‘ਚੰਗੇ ਮਾਨਸਿਕ ਹਸਪਤਾਲ’ ਵਿੱਚ ਦਾਖਲ ਹੋ ਜਾਣਾ ਚਾਹੀਦਾ ਹੈ। ਧਿਆਨ ਰਹੇ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਸੀ ਕਿ ਜੋ 500 ਕਰੋੜ ਰੁਪਏ ਵਾਲਾ ਸੂਟਕੇਸ ਦਿੰਦਾ ਹੈ, ਉਹੀ ਮੁੱਖ ਮੰਤਰੀ ਬਣਦਾ ਹੈ। ਇਸ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹੰਗਾਮਾ ਮਚ ਗਿਆ ਅਤੇ ਭਾਜਪਾ ਤੇ ਆਮ ਆਦਮੀ ਪਾਰਟੀ ਨੇ ਕਾਂਗਰਸ ’ਤੇ ਤਿੱਖਾ ਹਮਲਾ ਕੀਤਾ। ਨਵਜੋਤ ਕੌਰ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਾਂ ਹੀ ਸਰਗਰਮ ਸਿਆਸਤ ਵਿੱਚ ਵਾਪਸ ਆਉਣਗੇ ਜੇਕਰ ਕਾਂਗਰਸ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਚਿਹਰਾ ਐਲਾਨ ਕਰਦੀ ਹੈ।

ਪੰਜਾਬ ਭਾਜਪਾ ਦੇ ਪ੍ਰਧਾਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਸੂਬਾ ਸਰਕਾਰ ਨੂੰ ਘੇਰਿਆ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਆਉਂਦੀ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ‘ਵੋਟ ਚੋਰੀ’ ਦਾ ਇਲਜ਼ਾਮ ਲਗਾਉਣ ਵਾਲੇ ਖੁਦ ‘ਇਲੈਕਸ਼ਨ ਚੋਰੀ’ ਕਰਨ ਦੀਆਂ ਤਿਆਰੀਆਂ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਧੱਕੇਸ਼ਾਹੀ ਕਰਨ ਸਬੰਧੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਟੈਲੀ ਕਾਨਫਰੰਸ ਦੀ ਇਕ ਆਡੀਓ ਸਾਹਮਣੇ ਆਈ ਹੈ, ਜੋ ਲੋਕਤੰਤਰ ਦੇ ਹੋਣ ਵਾਲੇ ਘਾਣ ਦਾ ਸਬੂਤ ਹੈ। ਜਾਖੜ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਦੇਸ਼ ’ਚ ਘੁੰਮ ਰਹੇ ਹਨ ਅਤੇ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਖਜ਼ਾਨੇ ਦੀ ਲੁੱਟ ਤੋਂ ਬਾਅਦ ਹੁਣ ਵੋਟਾਂ ਦੀ ਲੁੱਟ ਕਰਨ ਦੀ ਵੀ ਪੱਕੀ ਧਾਰ ਲਈ ਹੈ। ਜਾਖੜ ਨੇ ਕਿਹਾ ਕਿ ਪੰਜਾਬ ਭਾਜਪਾ ਵਲੋਂ ਸੂਬੇ ਵਿਚ ਇਸ ਤਰ੍ਹਾਂ ਦੇ ਧੱਕੇ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। 

ਅੰਮਿ੍ਰਤਸਰ/ਬਿਊਰੋ ਨਿਊਜ਼
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਦਿੱਲੀ ਵਜਾਰਤ ਦੇ ਹੋਰ ਕੈਬਨਿਟ ਮੰਤਰੀ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਰਤਸਰ ਪੁੱਜੇ ਅਤੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਕਪਿਲ ਮਿਸ਼ਰਾ, ਪ੍ਰਵੇਸ਼ ਵਰਮਾ, ਅਸੀਸ ਸੂਦ ਤੇ ਹੋਰ ਹਾਜ਼ਰ ਸਨ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰਬਾਣੀ ਦਾ ਕੀਰਤਨ ਸੁਣਿਆ ਅਤੇ ਗੁਰੂ ਘਰ ਵਿਖੇ ਸ਼ੁਕਰਾਨੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਨੇ ਬਰਤਨ ਸਾਫ ਕਰਨ ਦੀ ਸੇਵਾ ਵੀ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਵੱਲੋਂ ਉਨ੍ਹਾਂ ਨੂੰ ਗੁਰੂ ਘਰ ਦਾ ਇਤਿਹਾਸ ਅਤੇ ਹੋਰ ਸੰਬੰਧਿਤ ਧਾਰਮਿਕ ਸਥਾਨਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ।  

ਬਾਬਾ ਗੁਰਿੰਦਰ ਸਿੰਘ ਢਿੱਲੋਂ 6 ਮਹੀਨਿਆਂ ’ਚ ਦੂੁਜੀ ਵਾਰ ਅੰਮਿ੍ਰਤਸਰ ਪਹੁੰਚੇ

ਅੰਮਿ੍ਰਤਸਰ/ਬਿਊਰੋ ਨਿਊਜ਼     

ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਅੰਮਿ੍ਰਤਸਰ ਪਹੁੰਚੇ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਮੀਡੀਆ ਤੋਂ ਦੂਰੀ ਬਣਾਈ ਰੱਖੀ ਅਤੇ ਕਿਸੇ ਵੀ ਸਿਆਸੀ ਜਾਂ ਸਮਾਜਿਕ ਮੁੱਦੇ ’ਤੇ ਟਿੱਪਣੀ ਨਹੀਂ ਕੀਤੀ। ਜ਼ਿਕਰਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਲੰਘੇ ਛੇ ਮਹੀਨਿਆਂ ਵਿਚ ਦੂਜੀ ਵਾਰ ਅੰਮਿ੍ਰਤਸਰ ਪਹੁੰਚੇ ਹਨ। ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਧਿਕਾਰੀ ਐਲਾਨਿਆ ਹੋਇਆ ਹੈ। ਦੱਸਣਯੋਗ ਹੈ ਕਿ ਡੇਰਾ ਬਿਆਸ ਦਾ ਰਾਜਨੀਤਿਕ ਅਤੇ ਸਮਾਜਿਕ ਖੇਤਰ ਵਿਚ ਵੱਡਾ ਪ੍ਰਭਾਵ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਕਈ ਸੀਨੀਅਰ ਨੇਤਾ ਇਥੇ ਆ ਚੁੱਕੇ ਹਨ।  

 


ਸ਼ੋ੍ਰਮਣੀ ਅਕਾਲੀ ਦਲ ਨੇ ਹਾਈਕੋਰਟ ਤੱਕ ਕੀਤੀ ਸੀ ਪਹੁੰਚ
ਚੰਡੀਗੜ੍ਹ/ਬਿਊਰੋ ਨਿਊਜ਼  
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਪਟਿਆਲਾ ਪੁਲਿਸ ਦੇ ਆਡੀਓ ਮਾਮਲੇ ’ਤੇ ਸੁਣਵਾਈ ਦੌਰਾਨ ਪੰਜਾਬ ਸਟੇਟ ਚੋਣ ਕਮਿਸ਼ਨ ਦੇ ਕੰਮ ਵਿਚ ਇਸ ਸਟੇਜ ’ਤੇ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਕਿਸੇ ਖ਼ਾਸ ਹਾਲਾਤ ’ਚ ਹੀ ਰਾਜ ਚੋਣ ਕਮਿਸ਼ਨ ਦੇ ਕੰਮ ਵਿੱਚ ਦਖ਼ਲ ਦਿੱਤਾ ਜਾ ਸਕਦਾ ਹੈ। ਹਾਈਕੋਰਟ ਨੇ ਦੋਵੇਂ ਧਿਰਾਂ ਨੂੰ ਰਾਜ ਚੋਣ ਕਮਿਸ਼ਨ ਕੋਲ ਜਾਣ ਲਈ ਕਿਹਾ ਹੈ। ਚੇਤੇ ਰਹੇ ਕਿ ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਪਟਿਆਲਾ ਦੇ ਐੱਸ.ਐੱਸ.ਪੀ ਦੀ ਇੱਕ ਕਥਿਤ ਆਡੀਓ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ।

ਸਰਕਾਰੀ ਵਕੀਲ ਨੇ ਕੀਤੇ ਵੱਡੇ ਖੁਲਾਸੇ

ਚੰਡੀਗੜ੍ਹ/ਬਿਊਰੋ ਨਿਊਜ਼ 

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤੀ ਹੈ। ਧਿਆਨ ਰਹੇ ਕਿ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਮਜੀਠੀਆ ਜੇਲ੍ਹ ਵਿਚ ਬੰਦ ਹਨ। ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਹੋਣ ਤੋਂ ਬਾਅਦ ਸਰਕਾਰੀ ਵਕੀਲ ਫੈਰੀ ਸੋਫਤ ਨੇ ਇਸ ਪਿੱਛੇ ਦੇ ਮੁੱਖ ਕਾਰਨਾਂ ਦਾ ਖੁਲਾਸਾ ਕੀਤਾ ਹੈ। ਵਕੀਲ ਨੇ ਦੱਸਿਆ ਕਿ ਅਦਾਲਤ ਵਿਚ ਪੇਸ਼ ਕੀਤੇ ਗਏ ਪੁਖਤਾ ਸਬੂਤਾਂ ਅਤੇ ਵਿੱਤੀ ਬੇਨਿਯਮੀਆਂ ਕਾਰਨ ਮਜੀਠਆ ਨੂੰ ਜ਼ਮਾਨਤ ਨਹੀਂ ਮਿਲੀ। ਹਾਈਕੋਰਟ ਨੂੰ ਦੱਸਿਆ ਗਿਆ ਕਿ 2004 ਤੱਕ ਮਜੀਠੀਆ ਕੋਲ ਕੋਈ ਖ਼ਾਸ ਜਾਇਦਾਦ ਨਹੀਂ ਸੀ, ਪਰ 2007 ਤੋਂ ਬਾਅਦ ਅਚਾਨਕ ਉਨ੍ਹਾਂ ਦੀ ਜਾਇਦਾਦ ਕਰੋੜਾਂ ਵਿਚ ਕਿਵੇਂ ਪਹੁੰਚ ਗਈ। ਇਹ ਇਕ ਗੰਭੀਰ ਜਾਂਚ ਦਾ ਵਿਸ਼ਾ ਹੈ। ਫੈਰੀ ਸੋਫਤ ਅਨੁਸਾਰ ਜੂਨ ਮਹੀਨੇ ਜਦੋਂ ਮਜੀਠੀਆ ਦੀ ਗਿ੍ਰਫ਼ਤਾਰੀ ਹੋਈ ਸੀ ਤਾਂ ਇਹ ਮਾਮਲਾ 540 ਕਰੋੜ ਰੁਪਏ ਦਾ ਸੀ, ਪਰ ਜਾਂਚ ਦੌਰਾਨ ਹੁਣ ਇਹ ਅੰਕੜਾ ਵਧ ਕੇ 725 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਮਜੀਠੀਆ ’ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਸ਼ਰਾਬ ਦੇ ਕਾਰੋਬਾਰ ’ਚੋਂ ਮੋਟਾ ਪੈਸਾ ਕਮਾਇਆ ਹੈ।

 

ਕਿਸਾਨਾਂ ਦਾ ਅੱਜ ਦੋ ਘੰਟੇ ਲਈ ਸੀ ਰੇਲ ਰੋਕੋ ਅੰਦੋਲਨ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਕਿਸਾਨਾਂ ਦਾ ਅੱਜ ਦੁਪਹਿਰੇ 1 ਵਜੇ ਤੋਂ ਲੈ ਕੇ ਸ਼ਾਮ 3 ਵਜੇ ਤੱਕ ਦੋ ਘੰਟਿਆਂ ਲਈ ਆਪਣੀਆਂ ਮੰਗਾਂ ਨੂੰ ਲੈ ਕੇ ਰੇਲ ਰੋਕੋ ਅੰਦੋਲਨ ਸੀ। ਇਸ ਤੋਂ ਪਹਿਲਾਂ ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਗਿ੍ਰਫਤਾਰ ਕਰ ਲਿਆ ਅਤੇ ਕਈ ਆਗੂਆਂ ਨੂੰ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੱਤਾ ਸੀ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ’ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਰੇਲ ਰੋਕੋ ਅੰਦੋਲਨ ਨੂੰ ਅਸਫਲ ਕਰਨ ਲਈ ਸਰਕਾਰ ਨੇ ਕਈ ਕਿਸਾਨ ਆਗੂਆਂ ਨੂੰ ਪਹਿਲਾਂ ਹੀ ਗਿ੍ਰਫਤਾਰ ਕਰ ਲਿਆ ਸੀ। ਉਨ੍ਹਾਂ ਪੰਜਾਬ ਦੀਆਂ ਸਾਰੀਆਂ ਜਨਤਕ ਤੇ ਜਮਹੂਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਇਸ ਜਬਰ ਵਿਰੋਧੀ ਰਵੱਈਏ ਦੀ ਜ਼ੋਰਦਾਰ ਢੰਗ ਨਾਲ ਆਲੋਚਨਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਜਬਰ ਵਿਰੁੱਧ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸੇ ਦੌਰਾਨ ਕਿਸਾਨ ਆਗੂ ਦਿਲਬਾਗ ਸਿੰਘ ਨੇ ਕਿਹਾ ਕਿ ਪੁਲਿਸ ਨੇ ਰਾਤ ਤੋਂ ਹੀ ਕਿਸਾਨਾਂ ਦੇ ਘਰਾਂ ’ਤੇ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਸਨ, ਜਿਸ ਦੀ ਘੋਰ ਨਿੰਦਾ ਕੀਤੀ ਜਾਣੀ ਚਾਹੀਦੀ ਹੈ।  

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 25 ਦਸੰਬਰ 2025 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਸੰਬੰਧੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2026 ਵਿਚ ਖਾਲਸਾ ਸਾਜਨਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਦਸੰਬਰ 2025 ਤੱਕ ਸ਼੍ਰੋਮਣੀ ਕਮੇਟੀ ਦਫਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

ਹੁਣ ‘ਲੋਕ ਭਵਨ ਪੰਜਾਬ’ ਵਜੋਂ ਜਾਣਿਆ ਜਾਵੇਗਾ ਪੰਜਾਬ ਰਾਜ ਭਵਨ

ਚੰਡੀਗੜ੍ਹ/ਬਿਊਰੋ ਨਿਊਜ਼ 

ਭਾਰਤ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਦਾ ਨਾਂ ਹੁਣ ‘ਲੋਕ ਭਵਨ ਪੰਜਾਬ’ ਕਰਨ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਰਾਜਪਾਲ ਦੇ ਪਿ੍ਰੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਧਿਆਨ ਰਹੇ ਕਿ ਕਿ ਇਸ ਸਬੰਧੀ ਕੇਂਦਰੀ ਗ੍ਰਹਿ ਵਿਭਾਗ ਨੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜਿਸ ਤਹਿਤ ਦੇਸ਼ ਭਰ ’ਚ ਰਾਜ ਭਵਨਾਂ ਦਾ ਨਾਂ ਬਦਲ ਕੇ ਲੋਕ ਭਵਨ ਕਰ ਦਿੱਤਾ ਗਿਆ ਸੀ। ਇਸੇ ਤਹਿਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਬਦਲਾਅ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਉੱਧਰ, ਰਾਜ ਭਵਨ ਦੇ ਅਧਿਕਾਰਤ ਵਟਸਐਪ ਗਰੁੱਪ ਦਾ ਨਾਂ ਵੀ ਬਦਲ ਕੇ ਹੁਣ ‘ਲੋਕ ਭਵਨ ਪੰਜਾਬ’ ਕਰ ਦਿੱਤਾ ਗਿਆ ਹੈ।

 

14 ਦਸੰਬਰ ਨੂੰ ਪੈਣੀਆਂ ਹਨ ਵੋਟਾਂ ਅਤੇ ਨਤੀਜੇ 17 ਦਸੰਬਰ ਨੂੰ ਆਉਣਗੇ

ਚੰਡੀਗੜ੍ਹ/ਬਿਊਰੋ ਨਿਊਜ਼  

ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 961 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਚੋਣਾਂ ਨੂੰ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੀ ਅਜ਼ਮਾਇਸ਼ ਮੰਨਦੀ ਹੈ। ਮੁਹਾਲੀ ’ਚ ਇਹ ਚੋਣਾਂ ਮੁਲਤਵੀ ਕੀਤੀਆਂ ਗਈਆਂ ਹਨ ਅਤੇ ਬਾਕੀ ਪੰਚਾਇਤ ਸੰਮਤੀਆਂ ਦੀਆਂ ਇਹ ਚੋਣਾਂ 14 ਦਸੰਬਰ ਨੂੰ ਹੋਣੀਆਂ ਹਨ, ਅਤੇ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ। ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸੂਬੇ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਸਿਰਫ 15 ਮਹੀਨੇ ਪਹਿਲਾਂ ਹੋ ਰਹੀਆਂ ਹਨ, ਜਿਸ ਕਰਕੇ ਹਰੇਕ ਸਿਆਸੀ ਪਾਰਟੀਆਂ ਆਪਣਾ ਵੋਟ ਅਧਾਰ ਮਜ਼ਬੂਤ ਕਰਨ ਲਈ ਪੂਰੀ ਵਾਹ ਲਗਾ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਆਪਣੇ ਆਗੂਆਂ ਨੂੰ ਦੱਸਿਆ ਗਿਆ ਹੈ ਕਿ ਇਨ੍ਹਾਂ ਚੋਣਾਂ ਦੇ ਨਤੀਜੇ ਇਹ ਤੈਅ ਕਰਨਗੇ ਕਿ ਉਨ੍ਹਾਂ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਮਿਲਦੀ ਹੈ ਜਾਂ ਨਹੀਂ।

ਕਿਹਾ : ਜਿਨ੍ਹਾਂ ਪੁਲਿਸ ਅਧਿਕਾਰੀਆਂ ਨੇ ਧੱਕੇਸ਼ਾਹੀ ਕੀਤੀ, ਉਨ੍ਹਾਂ ਤੋਂ ਲਵਾਂਗੇ ਹਿਸਾਬ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਤਿੰਨ ਸਾਲਾਂ ਤੋਂ ਸੂਬੇ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨਹੀਂ ਕਰਵਾ ਰਹੀ ਸੀ। ਉਨ੍ਹਾਂ ਦੱਸਿਆ ਕਿ ਹਾਈਕੋਰਟ ਦੇ ਦਖਲ ਤੋਂ ਬਾਅਦ ਹੀ ਹੁਣ ਇਹ ਚੋਣਾਂ 14 ਦਸੰਬਰ ਨੂੰ ਕਰਵਾਈਆਂ ਜਾ ਰਹੀਆਂ ਹਨ। ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਚੋਣਾਂ ਲਈ ਉਮੀਦਵਾਰ ਨਹੀਂ ਲੱਭ ਰਹੇ ਅਤੇ ਇਸ ਕਰਕੇ ਹੀ ਉਹ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਧੱਕਾ ਕਰ ਰਹੀ ਹੈ। ਵੜਿੰਗ ਨੇ ਪੰਜਾਬ ’ਚ ਭਗਵੰਤ ਮਾਨ ਦੀ ਸਰਕਾਰ ਦੀ ਨਿੰਦਾ ਕਰਦਿਆਂ ਪੰਜਾਬ ਪੁਲਿਸ ਨੂੰ ਵੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਪੁਲਿਸ ਵਾਲਿਆਂ ਨੂੰ ਕਿਹਾ ਕਿ ਯਾਦ ਰੱਖਿਓ, ਜਿਨ੍ਹਾਂ ਪੁਲਿਸ ਅਧਿਕਾਰੀਆਂ ਨੇ ਧੱਕੇਸ਼ਾਹੀ ਕੀਤੀ ਹੈ, ਉਨ੍ਹਾਂ ਕੋਲੋਂ ਵੀ ਹਿਸਾਬ ਲਿਆ ਜਾਵੇਗਾ। ਵੜਿੰਗ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪੁਲਿਸ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਚੌਕੀਦਾਰੀ ਕਰ ਰਹੀ ਹੈ।

 

ਜਲੰਧਰ/ਬਿਊਰੋ ਨਿਊਜ਼ 

ਜਲੰਧਰ ਕੈਂਟ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ’ਤੇ ਟਿੱਪਣੀ ਕੀਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਤਾਨਸ਼ਾਹੀ ਚੱਲਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਚ ਪੰਜਾਬ ਦੇ ਕਿਸੇ ਵੀ ਨੇਤਾ ਦੀ ਸੁਣਵਾਈ ਨਹੀਂ ਹੈ, ਚਾਹੇ ਉਹ ਕੈਪਟਨ ਅਮਰਿੰਦਰ ਸਿੰਘ ਹੋਣ, ਚਾਹੇ ਪੰਜਾਬ ਦਾ ਕੋਈ ਵੀ ਵੱਡਾ ਆਗੂ ਹੋਵੇ। ਪਰਗਟ ਸਿੰਘ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਉਦੋਂ ਹੀ ਹੋ ਸਕਦਾ ਹੈ, ਜਦੋਂ ਪੀਐਮ ਮੋਦੀ ਤੇ ਅਮਿਤ ਸ਼ਾਹ ਚਾਹੁਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਗਠਜੋੜ ਤਾਂ ਭਾਜਪਾ ਦੇ ਪ੍ਰਧਾਨ ਜੇਪੀ ਨੱਢਾ ਵੀ ਨਹੀਂ ਕਰ ਸਕਦੇ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਜੇਕਰ ਭਾਜਪਾ ਨੇ ਪੰਜਾਬ ਵਿਚ ਸੱਤਾ ਹਾਸਲ ਕਰਨੀ ਹੈ ਤਾਂ ਉਸ ਨੂੰ ਸ਼ੋ੍ਰਮਣੀ ਅਕਾਲੀ ਦਲ ਨਾਲ ਚੋਣ ਗਠਜੋੜ ਕਰਨਾ ਹੀ ਪਵੇਗਾ। ਇਸ ਤੋਂ ਬਾਅਦ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਹਿ ਦਿੱਤਾ ਸੀ ਕਿ ਪੰਜਾਬ ਦੀਆਂ ਚੋਣਾਂ ਭਾਜਪਾ ਆਪਣੇ ਦਮ ’ਤੇ ਲੜੇਗੀ ਅਤੇ ਕਿਸੇ ਵੀ ਸਿਆਸੀ ਪਾਰਟੀ ਨਾਲ ਗਠਜੋੜ ਨਹੀਂ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਲੋਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.