Monday, 20 April 2026

ਟੋਕੀਓ ’ਚ 50 ਮੀਟਰ ਰਾਈਫਲ ਈਵੈਂਟ ’ਚ ਜਿੱਤਿਆ ਗੋਲਡ ਮੈਡਲ

ਫਾਜ਼ਿਲਕਾ/ਬਿਊਰੋ ਨਿਊਜ਼ 

ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਢੀਪਾਂਵਾਲੀ ਦੀ ਰਹਿਣ ਵਾਲੀ ਮਾਹਿਤ ਸੰਧੂ ਨੇ ਨਿਸ਼ਾਨੇਬਾਜ਼ੀ ਵਿਚ ਵਰਲਡ ਰਿਕਾਰਡ ਬਣਾਇਆ ਹੈ। ਟੋਕੀਓ ਵਿਚ ਹੋਏ ਡੈਫ ਲਿੰਪਕਸ ਵਿਚ 50 ਮੀਟਰ ਰਾਈਫਲ ਨਿਸ਼ਾਨੇਬਾਜ਼ੀ ਵਿਚ ਮਾਹਿਤ ਨੇ ਜਿੱਤ ਦਰਜ ਕਰਕੇ ਗੋਲਡ ਮੈਡਲ ਹਾਸਲ ਕੀਤਾ ਹੈ। ਮਾਹਿਤ ਸੰਧੂ ਦੀ ਇਸ ਪ੍ਰਾਪਤੀ ਨਾਲ ਉਸਦੇ ਪਿੰਡ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਮਾਹਿਤ ਸੰਧੂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੀ ਬੇਟੀ ’ਤੇ ਮਾਣ ਹੈ ਕਿ ਉਨ੍ਹਾਂ ਦੀ ਬੇਟੀ ਨੇ ਪਰਿਵਾਰ ਜਾਂ ਇਲਾਕੇ ਦਾ ਨਹੀਂ, ਸਗੋਂ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਦੱਸਣਯੋਗ ਹੈ ਕਿ ਮਾਹਿਤ ਸੰਧੂ ਨੇ ਮਹਿਲਾ 50 ਮੀਟਰ ਰਾਈਫਲ ਥ੍ਰੀ ਪੁਜੀਸ਼ਨ ਈਵੈਂਟ ਵਿਚ ਗੋਲਡ ਮੈਡਲ ਜਿੱਤ ਕੇ ਇਨ੍ਹਾਂ ਖੇਡਾਂ ਵਿਚ ਆਪਣਾ ਚੌਥਾ ਮੈਡਲ ਜਿੱਤਿਆ ਹੈ। 

 

24 ਨਵੰਬਰ ਨੂੰ ਸੱਦੇ ਜਾਣ ਵਾਲੇ ਵਿਸ਼ੇਸ਼ ਇਜਲਾਸ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਵੱਲੋਂ ਸੱਦੇ ਜਾਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸਦੇ ਨਾਲ ਹੀ ਰਾਜਪਾਲ ਨੇ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਸਥਿਤ ਭਾਈ ਜੈਤਾ ਜੀ ਯਾਦਗਾਰ ਵਿੱਚ ਬਾਅਦ ਦੁਪਹਿਰ 1 ਵਜੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਤੋਂ ਪ੍ਰਵਾਨਗੀ ਮਿਲਣ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਸਬੰਧੀ ਤਿਆਰੀਆਂ ਵੀ ਤੇਜ਼ ਕਰ ਦਿੱਤੀਆਂ ਹਨ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਦੌਰਾਨ ਪੰਜਾਬ ਸਰਕਾਰ ਨੇ 24 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ। 

ਸਰਕਾਰ ਨੂੰ ਇਕ ਹਫਤੇ ਵਿਚ ਫੈਸਲਾ ਲੈਣ ਲਈ ਕਿਹਾ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੀ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਨੇ ਸੰਸਦ ਦੇ ਇਜਲਾਸ ਵਿਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਲਈ ਹਾਈਕੋਰਟ ਵਿਚ ਪਟੀਸ਼ਨ ਪਾਈ ਹੋਈ ਹੈ। ਇਸ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਅੰਮਿ੍ਰਤਪਾਲ ਸਿੰਘ ਦੀ ਪੈਰੋਲ ਮੰਗ ਨੂੰ ਲੈ ਕੇ ਉਚਿਤ ਫੈਸਲਾ ਲਿਆ ਜਾਵੇ। ਅਦਾਲਤ ਨੇ ਕਿਹਾ ਕਿ ਸੰਸਦ ਦਾ ਸਰਦ ਰੁੱਤ ਇਜਲਾਸ 1 ਤੋਂ 19 ਦਸੰਬਰ ਤੱਕ ਹੈ, ਇਸ ਲਈ ਸਰਕਾਰ ਇਕ ਹਫਤੇ ਵਿਚ ਕੋਈ ਫੈਸਲਾ ਲਵੇ। ਅੰਮਿ੍ਰਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ ਸੰਸਦ ਵਿਚ ਮੇਰੀ ਹਾਜ਼ਰੀ ਦਾ ਇੰਤਜ਼ਾਮ ਕੀਤਾ ਜਾਵੇ ਜਾਂ ਫਿਰ ਇਜਲਾਸ ਵਿਚ ਸ਼ਾਮਲ ਹੋਣ ਦਾ ਪ੍ਰਬੰਧ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਐਨ.ਐਸ.ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ ਅਤੇ ਉਸ ਵਲੋਂ ਵਕੀਲ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ।  

 

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਤੇ ਹਰਿਆਣਾ ਹਾਈਕੋਰਟ ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਭਲਕੇ 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਸੁਣਵਾਈ ਕਰੇਗਾ। ਅੰਮਿ੍ਰਤਪਾਲ ਸਿੰਘ ਨੇ ਪਟੀਸ਼ਨ ਵਿਚ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਦੇ ਅਗਾਮੀ ਸਰਦ ਰੁੱਤ ਇਜਲਾਸ ਵਿਚ ਸ਼ਮੂਲੀਅਤ ਲਈ ਜੇਲ੍ਹ ’ਚੋਂ ਅਸਥਾਈ ਰਿਹਾਈ ਦੀ ਮੰਗ ਕੀਤੀ ਹੈ। ਡਿਵੀਜ਼ਨ ਬੈਂਚ ਨੇ ਪਟੀਸ਼ਨ ’ਤੇ ਸੁਣਵਾਈ ਲਈ 21 ਨਵੰਬਰ ਦੀ ਤਰੀਕ ਨਿਰਧਾਰਿਤ ਕੀਤੀ ਹੈ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਕੌਮੀ ਸੁਰੱਖਿਆ ਐਕਟ ਤਹਿਤ ਨਜ਼ਰਬੰਦ ਅੰਮਿ੍ਰਤਪਾਲ ਸਿੰਘ ਨੇ ਪਟੀਸ਼ਨ ਵਿਚ ਐੱਨ.ਐੱਸ.ਏ. ਦੀ ਧਾਰਾ 15 ਦਾ ਹਵਾਲਾ ਦਿੱਤਾ ਹੈ, ਜੋ ਕਿ ਸਮਰੱਥ ਅਧਿਕਾਰੀ ਨੂੰ ਅਸਾਧਾਰਨ ਹਾਲਾਤ ਵਿੱਚ ਨਜ਼ਰਬੰਦ ਨੂੰ ਪੈਰੋਲ ਦੇਣ ਦਾ ਅਧਿਕਾਰ ਦਿੰਦੀ ਹੈ।

ਰੋਪੜ ਵਿਚ ਆਰ.ਟੀ.ਓ. ਦੇ ਅਹੁਦੇ ’ਤੇ ਹੈ ਅਧਿਕਾਰੀ ਗੁਰਵਿੰਦਰ ਸਿੰਘ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪੀਸੀਐਸ ਅਧਿਕਾਰੀ ਗੁਰਵਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਗੁਰਵਿੰਦਰ ਸਿੰਘ ਇਸ ਸਮੇਂ ਰੋਪੜ ਵਿਚ ਆਰ.ਟੀ.ਓ. ਦੇ ਅਹੁਦੇ ’ਤੇ ਤੈਨਾਤ ਹੈ। ਗੁਰਵਿੰਦਰ ਸਿੰਘ ’ਤੇ ਇਲਜ਼ਾਮ ਲੱਗੇ ਹਨ ਕਿ ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਮਾਗਮ ਦੇ ਲਾਈਟ ਐਂਡ ਸਾਊਂਡ ਸ਼ੋਅ ਦੇ ਲਈ ਬੱਸਾਂ ਸਮੇਂ ਸਿਰ ਉਪਲਬਧ ਨਹੀਂ ਕਰਵਾਈਆਂ। ਇਸ ਦੇਰੀ ਦੇ ਕਾਰਨ ਹੀ ਉਨ੍ਹਾਂ ਖਿਲਾਫ ਇਹ ਕਾਰਵਾਈ ਹੋਈ ਹੈ ਅਤੇ ਇਹ ਕਾਰਵਾਈ ਪੰਜਾਬ ਸਿਵਲ ਸੇਵਾ ਦੇ ਨਿਯਮਾਂ ਤਹਿਤ ਕੀਤੀ ਗਈ ਹੈ। ਧਿਆਨ ਰਹੇ ਕਿ ਗੁਰਵਿੰਦਰ ਸਿੰਘ ਜਿੰਨਾਂ ਸਮਾਂ ਨੌਕਰੀ ਤੋਂ ਸਸਪੈਂਡ ਰਹਿੰਦੇ ਹਨ, ਓਨਾ ਸਮਾਂ ਉਨ੍ਹਾਂ ਦਾ ਦਫਤਰ ਚੰਡੀਗੜ੍ਹ ਵਿਚ ਰਹੇਗਾ ਅਤੇ ਉਹ ਬਿਨਾ ਆਗਿਆ ਤੋਂ ਚੰਡੀਗੜ੍ਹ ਤੋਂ ਬਾਹਰ ਨਹੀਂ ਜਾ ਸਕਣਗੇ।

 

ਮੰਤਰੀ ਸੰਜੀਵ ਅਰੋੜਾ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿੱਚ ਟਰਾਈਡੈਂਟ ਗਰੁੱਪ ਵੱਲੋਂ 2 ਹਜ਼ਾਰ ਕਰੋੜ ਰੁਪਏ ਦਾ ਨਵਾਂ ਨਿਵੇਸ਼ ਕੀਤਾ ਜਾਵੇਗਾ। ਇਹ ਨਿਵੇਸ਼ ਬਰਨਾਲਾ ਅਤੇ ਮੁਹਾਲੀ ਵਿੱਚ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਵੱਲੋਂ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ। ਸੰਜੀਵ ਅਰੋੜਾ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਵੱਲੋਂ ਬਰਨਾਲਾ ਵਿੱਚ 1500 ਕਰੋੜ ਅਤੇ ਮੁਹਾਲੀ ਵਿੱਚ 500 ਕਰੋੜ ਰੁਪਏ ਦਾ ਨਵਾਂ ਨਿਵੇਸ਼ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਪੰਜਾਬ ਵਿੱਚ ਦੋ ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਨਵਾਂ ਰੁਜ਼ਗਾਰ ਮਿਲੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਸ਼ਾਮਲ ਹੋਣਗੀਆਂ। ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 1 ਲੱਖ 40 ਹਜ਼ਾਰ ਕਰੋੜ ਰੁਪਏ ਦਾ ਨਵਾਂ ਨਿਵੇਸ਼ ਹੋ ਚੁੱਕਾ ਹੈ। ਸੰਜੀਵ ਅਰੋੜਾ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਵਿੱਚ ਸੂਬੇ ਲਈ ਨਵੀਂ ਉਦਯੋਗਿਕ ਨੀਤੀ ਵੀ ਲਿਆਂਦੀ ਜਾਵੇਗੀ।

ਪੰਜਾਬ ਸਰਕਾਰ ਦੇ ਐਡਮਿਸ਼ਨ ਪੋਰਟਲ ਨਾਲ ਹੋਣਗੇ ਦਾਖਲੇ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਹੁਣ ਕੌਮਨ ਕੈਲੰਡਰ ਤਹਿਤ ਚੱਲਣਗੀਆਂ। ਇਨ੍ਹਾਂ ਤਿੰਨਾਂ ਯੂਨੀਵਰਸਿਟੀਆਂ ਵਿਚ ਦਾਖਲਾ ਪ੍ਰਕਿਰਿਆ ਵੀ ਪੰਜਾਬ ਸਰਕਾਰ ਦੇ ਐਡਮਿਸ਼ਨ ਪੋਰਟਲ ਮੁਤਾਬਕ ਹੀ ਹੋਣਗੇ। ਉਚ ਸਿੱਖਿਆ ਵਿਭਾਗ ਨੇ ਤਿੰਨੋਂ ਯੂਨੀਵਰਸਿਟੀਆਂ ਨੂੰ ਇਸ ਸਬੰਧ ਵਿਚ ਪੱਤਰ ਜਾਰੀ ਕਰਕੇ ਦਿਸ਼ਾ ਨਿਰਦੇਸ਼ ਵੀ ਦੇ ਦਿੱਤੇ ਹਨ। ਪੰਜਾਬ ਦੀਆਂ ਇਨ੍ਹਾਂ ਤਿੰਨੋਂ ਯੂਨੀਵਰਸਿਟੀਆਂ ਅਤੇ ਉਨ੍ਹਾਂ ਨਾਲ ਸਬੰਧਤ ਕਾਲਜਾਂ ਵਿਚ ਅਗਲੇ ਵਿਦਿਅਕ ਸੈਸ਼ਨ 2026-27 ਤੋਂ ਐਡਮਿਸ਼ਨ ਪ੍ਰੋਸੈਸ ਪੂਰੀ ਤਰ੍ਹਾਂ ਨਾਲ ਆਨਲਾਈਨ ਹੋ ਜਾਵੇਗੀ। ਇਸਦੇ ਚੱਲਦਿਆਂ ਇਨ੍ਹਾਂ ਯੂਨੀਵਰਸਿਟੀਆਂ ਅਤੇ ਉਨ੍ਹਾਂ ਨਾਲ ਸਬੰਧਤ ਕਾਲਜਾਂ ਵਿਚ ਕੋਰਸਾਂ ਦੇ ਦਾਖਲੇ, ਛੁੱਟੀਆਂ ਅਤੇ ਇਮਤਿਹਾਨਾਂ ਦੀਆਂ ਤਰੀਕਾਂ ਇਕੋ ਜਿਹੀਆਂ ਹੋਣਗੀਆਂ। ਹਾਇਰ ਐਜੂਕੇਸ਼ਨ ਡਿਪਾਰਟਮੈਂਟ ਨੇ ਇਸ ਸਬੰਧੀ ਪੱਤਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਦੀ ਕਾਲਜ ਡਿਵੈਲਪਮੈਂਟ ਕਾਊਂਸਲ ਨੂੰ ਭੇਜ ਦਿੱਤਾ ਹੈ। 

 

 

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਸੈਨੇਟ ਚੋਣਾਂ ਨੂੰ ਲੈ ਕੇ 25 ਨਵੰਬਰ ਤੱਕ ਅਲਟੀਮੇਟਮ

ਯੂਨੀਵਰਸਿਟੀ ਬਚਾਓ ਮੋਰਚੇ ਨੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ ਨੂੰ ਲੈ ਕੇ ਯੂਨੀਵਰਸਿਟੀ ਬਚਾਓ ਮੋਰਚੇ ਨੇ 25 ਨਵੰਬਰ ਤੱਕ ਅਲਟੀਮੇਟਮ ਦਿੱਤਾ ਹੈ। ਮੋਰਚੇ ਨੇ ਕਿਹਾ ਕਿ ਜੇਕਰ 25 ਨਵੰਬਰ ਤੱਕ ਸੈਨੇਟ ਚੋਣਾਂ ਸਬੰਧੀ ਤਰੀਕ ਦਾ ਐਲਾਨ ਨਾ ਹੋਇਆ ਤਾਂ 26 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ ਬੰਦ ਕਰਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਪੀਯੂ ਅਥਾਰਿਟੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਮੋਰਚੇ ਨੇ ਇਹ ਐਲਾਨ ਪੰਜਾਬ ਦੀਆਂ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਤੇ ਸਮਾਜਿਕ ਕਾਰਕੁੰਨਾਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਕੀਤਾ ਹੈ। ਵਿਦਿਆਰਥੀ ਆਗੂੁਆਂ ਦਾ ਕਹਿਣਾ ਸੀ ਕਿ ਸੈਨੇਟ ਚੋਣਾਂ ਸਬੰਧੀ ਚੱਲ ਰਹੇ ਸੰਘਰਸ਼ ਦਾ ਮੁੱਖ ਟਕਰਾਅ ਕੇਂਦਰ ਵਿਚਲੀ ਮੋਦੀ ਸਰਕਾਰ ਨਾਲ ਹੈ। ਇਸ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਭਾਜਪਾ ਦੇ ਦਫਤਰਾਂ ਦਾ ਘਿਰਾਓ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਸਕਦਾ ਹੈ। 

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਧੂ ਨੂੰ ਚੁਕਾਈ ਸਹੁੰ

ਚੰਡੀਗੜ੍ਹ/ਬਿਊਰੋ ਨਿਊਜ਼

ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਮੀਤ ਸਿੰਘ ਸੰਧੂ ਨੂੰ ਅਹੁਦੇ ਦੀ ਸਹੁੰ ਚੁਕਾਈ ਹੈ। ਧਿਆਨ ਰਹੇ ਕਿ ਹਰਮੀਤ ਸਿੰਘ ਸੰਧੂ ਇਸ ਤੋਂ ਪਹਿਲਾਂ ਵੀ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਹੁਣ ਉਹ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਚੌਥੀ ਵਾਰ ਵਿਧਾਇਕ ਬਣੇ ਹਨ। ਸੰਧੂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਨੂੰ 12 ਹਜ਼ਾਰ ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਹੈ। ਹਰਮੀਤ ਸਿੰਘ ਸੰਧੂ ਇਸ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਵਿਚ ਰਹੇ ਅਤੇ ਪਿਛਲੇ ਸਮੇਂ ਦੌਰਾਨ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਸਹੁੰ ਚੁੱਕਣ ਤੋਂ ਬਾਅਦ ਹਰਮੀਤ ਸਿੰਘ ਸੰਧੂ ਨੇ ਤਰਨਤਾਰਨ ਦੇ ਵੋਟਰਾਂ ਦਾ ਧੰਨਵਾਦ ਕੀਤਾ। ਹਰਮੀਤ ਸਿੰਘ ਸੰਧੂ ਨੇ ਸਹੁੰ ਚੁੱਕਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਵੀ ਕੀਤੀ। ਇਸੇ ਦੌਰਾਨ ਸੀਐਮ ਮਾਨ ਨੇ ਹਰਮੀਤ ਸਿੰਘ ਸੰਧੂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਤਰਨਤਾਰਨ ਦੇ ਲੋਕਾਂ ਦੇ ਵਿਚਕਾਰ ਰਹਿ ਕੇ ਵਿਕਾਸ ਕਾਰਜ ਕਰਨ ਲਈ ਕਿਹਾ ਹੈ। 

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਫਿਲਹਾਲ ਰਿਲੀਜ਼ ਨਹੀਂ ਹੋਵੇਗੀ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਫਿਲਮ ਨੂੰ ਰਿਲੀਜ਼ ਨਾ ਕਰਨ ਦਾ ਆਦੇਸ਼ ਦਿੱਤਾ ਸੀ। ਇਸਦੇ ਚੱਲਦਿਆਂ ਬਵੇਜਾ ਮੂਵੀ ਪ੍ਰਾਈਵੇਟ ਲਿਮਟਿਡ ਨੇ ਫਿਲਹਾਲ ਇਸ ਫਿਲਮ ਨੂੰ ਰਿਲੀਜ਼ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਫਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਨੂੰ ਕਿਹਾ ਸੀ ਕਿ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਇਸ ਫਿਲਮ ਨੂੰ ਜਾਰੀ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਸੀ ਕਿ ਬਵੇਜਾ ਮੂਵੀ ਪ੍ਰਾਈਵੇਟ ਲਿਮਟਿਡ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣਾਈ ਗਈ ਇਸ ਫਿਲਮ ਵਿਚ ਸਿੱਖ ਸਿਧਾਂਤ, ਇਤਿਹਾਸ ਅਤੇ ਫਿਲਮਾਂਕਣ ਦੇ ਪੱਖ ਤੋਂ ਬਹੁਤ ਸਾਰੀਆਂ ਕਮੀਆਂ ਹਨ। ਇਸਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੱਤਰ ਭੇਜ ਕੇ 21 ਨਵੰਬਰ ਨੂੰ ਇਸ ਫਿਲਮ ਨੂੰ ਰਿਲੀਜ਼ ਨਾ ਕਰਨ ਦਾ ਆਦੇਸ਼ ਦਿੱਤਾ ਗਿਆ ਸੀ।  

 

ਭਾਜਪਾ ਨੇ ਜਲੰਧਰ ਨਿਗਮ ਹਾਊਸ ਵਿਚ ਇਸ ਨੂੰ ਲੈ ਕੇ ਕੀਤਾ ਹੰਗਾਮਾ

ਜਲੰਧਰ/ਬਿਊਰੋ ਨਿਊਜ਼  

ਜਲੰਧਰ ਨਿਗਮ ਹਾਊਸ ਦੀ ਮੀਟਿੰਗ ਵਿਚ ਲਿਆਂਦਾ ਗਿਆ ਮਤਾ ਨੰਬਰ-99 ਵਿਵਾਦਾਂ ਵਿਚ ਘਿਰ ਗਿਆ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ’ਤੇ ਸਵਾਲ ਉਠਾਉਂਦੇ ਹੋਏ ਹੰਗਾਮਾ ਵੀ ਕੀਤਾ। ਇਹ ਮਤਾ 11 ਜੂਨ 2025 ਨੂੰ ਜਲੰਧਰ ਦੇ ਬਲਟਰਨ ਪਾਰਕ ਵਿਚ ਸਪੋਰਟਸ ਹੱਬ ਦੇ ਨੀਂਹ ਪੱਥਰ ਦਾ ਹੈ। ਇਸ ਵਿਚ ਮਜ਼ੇਦਾਰ ਈਵੈਂਟ ਦਾ ਬਿੱਲ ਪੌਣੇ 2 ਕਰੋੜ ਰੁਪਏ ਹੈ। ਭਾਜਪਾ ਨੇ ਸਵਾਲ ਉਠਾਇਆ ਕਿ ਕੀ ਇਹ ਮਜ਼ੇਦਾਰ ਈਵੈਂਟ ਹੈ, ਇਸ ਬਾਰੇ ਸਪੱਸ਼ਟ ਕੀਤਾ ਜਾਵੇ। ਇਸਦੇ ਨਾਲ ਹੀ ਨਿਗਮ ਹਾਊਸ ਵਿਚ ਪੇਸ਼ ਰੇਟ ਲਿਸਟ ਵਿਚ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ ਸੀ। ਇਸ ਵਿਚ ਇਕ ਪੰਜਾਬੀ ਗਾਇਕ ਨੂੰ ਵੀ 8 ਲੱਖ ਰੁਪਏ ਵਿਚ ਬੁਲਾਇਆ ਗਿਆ ਸੀ। ਦੱਸਿਆ ਗਿਆ ਕਿ ਇਸ ਨੀਂਹ ਪੱਥਰ ਸਮਾਗਮ ’ਤੇ ਪੌਣੇ 2 ਕਰੋੜ ਰੁਪਏ ਤੋਂ ਜ਼ਿਆਦਾ ਖਰਚ ਆਇਆ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਇਸ ਨੂੰ ਦੱਸਿਆ ਮੰਦਭਾਗਾ

ਅੰਮਿ੍ਰਤਸਰ/ਬਿਊਰੋ ਨਿਊਜ਼  

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰਤ ਯੂਟਿਊਬ ਚੈਨਲ ਐਸਜੀਪੀਸੀ, ਸ੍ਰੀ ਅੰਮਿ੍ਰਤਸਰ ਨੂੰ ਯੂਟਿਊਬ ਨੇ ਆਪਣੀ ਨੀਤੀ ਦੀ ਉਲੰਘਣਾ ਦਾ ਹਵਾਲਾ ਦਿੰਦਿਆਂ ਇਕ ਹਫਤੇ ਲਈ ਮੁਅੱਤਲ ਕਰ ਦਿੱਤਾ। ਲੰਘੇ ਕੱਲ੍ਹ 19 ਨਵੰਬਰ ਨੂੰ ਜਦੋਂ ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਤੋਂ ਹਰ ਰੋਜ਼ ਦੀ ਤਰ੍ਹਾਂ ਰਹਿਰਾਸ ਸਾਹਿਬ ਦੇ ਪਾਠ ਦਾ ਸਿੱਧਾ ਪ੍ਰਸਾਰਣ ਜਾਰੀ ਸੀ, ਉਸੇ ਦੌਰਾਨ ਇਹ ਕਾਰਵਾਈ ਹੋਈ ਹੈ। ਯੂਟਿਊਬ ਦੇ ਅਨੁਸਾਰ 31 ਅਕਤੂਬਰ 2025 ਨੂੰ ਅਪਲੋਡ ਕੀਤੀ ਗਈ ਇਕ ਵੀਡੀਓ ’ਤੇ ਉਨ੍ਹਾਂ ਦੀ ਨੀਤੀ ਦੇ ਮੁਤਾਬਕ ਇਤਰਾਜ਼ ਜਤਾਇਆ ਗਿਆ। ਇਸ ਵੀਡੀਓ ਵਿਚ ਸਿੱਖ ਯੋਧਿਆਂ ਦੇ ਬਾਰੇ ਵਿਚ ਇਤਿਹਾਸਕ ਵਿਚਾਰ ਸਾਂਝੇ ਕੀਤੇ ਗਏ ਸਨ, ਜਿਸ ਨੂੰ ਯੂਟਿਊਬ ਨੇ ਆਪਣੀ ਕੰਟੈਂਟ ਗਾਈਡ ਲਾਈਨ ਦੀ ਉਲੰਘਣਾ ਮੰਨਿਆ ਹੈ। ਇਸੇ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਾਹਰੀ ਸੋਸ਼ਲ ਪਲੇਟਫਾਰਮਾਂ ’ਤੇ ਪੂਰੀ ਤਰ੍ਹਾਂ ਨਿਰਭਰ ਹੋਣ ਦੀ ਬਜਾਏ ਸ਼ੋ੍ਰਮਣੀ ਕਮੇਟੀ ਨੂੰ ਆਪਣਾ ਅਧਿਕਾਰਤ ਸੈਟੇਲਾਈਟ ਚੈਨਲ ਚਲਾਉਣ ਦੀ ਪ੍ਰਕਿਰਿਆ ਜਲਦੀ ਪੂਰੀ ਕਰਨੀ ਚਾਹੀਦੀ ਹੈ। 

ਚੰਡੀਗੜ੍ਹ/ਬਿਊਰੋ ਨਿਊਜ਼ 

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾਈ ਜਨਰਲ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਪਾਰਟੀ ਵਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ ਨਿਯੁਕਤੀ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਨ ਅਰੋੜਾ ਅਤੇ ਇੰਚਾਰਜ ਮਨੀਸ਼ ਸਿਸੋਦੀਆ ਵਲੋਂ ਪਾਰਟੀ ਹਾਈਕਮਾਂਡ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਕੀਤੀ ਗਈ ਹੈ। ਇਨ੍ਹਾਂ ਆਗੂਆਂ ਨੇ ਬਲਤੇਜ ਪੰਨੂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.