Sunday, 19 April 2026

ਸੰਤ ਸੀਚੇਵਾਲ ਵਲੋਂ ਚਲਾਈ ਜਾ ਰਹੀ ਸਫਾਈ ਮੁਹਿੰਮ ਦਾ ਲਿਆ ਜਾਇਜ਼ਾ

ਲੁਧਿਆਣਾ/ਬਿਊਰੋ ਨਿਊਜ਼ 

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਲੁਧਿਆਣਾ ਦੇ ਤਾਜਪੁਰ ਰੋਡ ਨੇੜੇ ਬੁੱਢੇ ਨਾਲੇ ਵਿਖੇ ਪਹੁੰਚੇ। ਰਾਜਪਾਲ ਕਟਾਰੀਆ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਬੁੱਢੇ ਨਾਲੇ ਦੀ ਸਫਾਈ ਲਈ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਬੁੱਢੇ ਨਾਲੇ ਦਾ ਪ੍ਰਦੂਸ਼ਣ ਸਤਲੁਜ ਦਰਿਆ ਰਾਹੀਂ ਮਾਲਵੇ ਤੋਂ ਲੈ ਕੇ ਰਾਜਸਥਾਨ ਤੱਕ ਮਾਰ ਕਰ ਰਿਹਾ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਖੁਦ ਰਾਜਸਥਾਨ ਨਾਲ ਸਬੰਧਤ ਹਨ ਅਤੇ ਇਸ ਲਈ ਉਹ ਇਸ ਮੁਹਿੰਮ ਦੀ ਲਗਾਤਾਰ ਨਜ਼ਰਸਾਨੀ ਕਰ ਰਹੇ ਹਨ। ਉਨ੍ਹਾਂ ਵਲੋਂ ਇਸ ਮਸਲੇ ’ਤੇ ਲਗਾਤਾਰ ਚੰਡੀਗੜ੍ਹ ਵਿਚ ਅਫਸਰਾਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਕਈ ਵਾਰ ਉਹ ਸਾਈਟ ਵਿਜ਼ਟ ਵੀ ਕਰ ਚੁੱਕੇ ਹਨ। ਰਾਜਪਾਲ ਨੇ ਬੁੱਢੇ ਨਾਲੇ ਦੀ ਸਫਾਈ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਰਹੇ।

ਭੁੱਲਰ ਕਈ ਹੋਰ ਅਫਸਰਾਂ ਨੂੰ ਵੀ ਲੈ ਸਕਦੇ ਹਨ ਲਪੇਟੇ ’ਚ 

ਚੰਡੀਗੜ੍ਹ/ਬਿਊਰੋ ਨਿਊਜ਼   

ਸੀਬੀਆਈ ਵਲੋਂ ਰਿਸ਼ਵਤਖੋਰੀ ਦੇ ਮਾਮਲੇ ਵਿਚ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਨੇ ਭੁੱਲਰ ਨੂੰ ਨੌਕਰੀ ਤੋਂ ਮੁਅੱਤਲ ਵੀ ਕਰ ਦਿੱਤਾ ਹੈ। ਇਸੇ ਦੌਰਾਨ ਸੀਬੀਆਈ ਵਲੋਂ ਹਰਚਰਨ ਸਿੰਘ ਭੁੱਲਰ ਦਾ ਚੰਡੀਗੜ੍ਹ ਦੇ ਸੈਕਟਰ 9 ਵਿਚ ਸਥਿਤ ਐਚ.ਡੀ.ਐਫ.ਸੀ. ਬੈਂਕ ਵਿਚ ਮੌਜੂਦ ਲਾਕਰ ਖੋਲ੍ਹਿਆ ਗਿਆ ਹੈ। ਸੀਬੀਆਈ ਨੂੰ ਲਾਕਰ ਵਿਚੋਂ 50 ਗਰਾਮ ਸੋਨੇ ਦੇ ਗਹਿਣੇ ਅਤੇ ਪ੍ਰਾਪਰਟੀ ਦੇ ਕਾਗਜ਼ਾਤ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਭੁੱਲਰ ਦੇ ਚਾਰ ਹੋਰ ਬੈਂਕ ਲਾਕਰ ਹਨ ਅਤੇ ਸੀਬੀਆਈ ਇਨ੍ਹਾਂ ਲਾਕਰਾਂ ਨੂੰ ਵੀ ਖੋਲ੍ਹ ਕੇ ਜਾਂਚ ਕਰੇਗੀ। ਇਸ ਤੋਂ ਪਹਿਲਾਂ ਭੁੱਲਰ ਦੀ ਰਿਹਾਇਸ਼ ਤੋਂ ਕਰੋੜਾਂ ਰੁਪਏ ਦੀ ਨਗਦੀ, ਸੋਨੇ ਦੇ ਗਹਿਣੇ ਅਤੇ ਹੋਰ ਬਹੁਤ ਸਾਰਾ ਕੀਮਤੀ ਸਮਾਨ ਮਿਲਿਆ ਸੀ। ਉਧਰ ਦੂਜੇ ਪਾਸੇ ਸੀਬੀਆਈ ਕੋਲ ਜ਼ਬਤ ਭੁੱਲਰ ਦੀ ਡਾਇਰੀ ਵਿਚ ਕਈ ਵਿਚੋਲੀਏ ਅਤੇ ਅਫਸਰਾਂ ਦੇ ਨਾਵਾਂ ਦਾ ਜ਼ਿਕਰ ਹੈ। ਸੀਬੀਆਈ ਡਾਇਰੀ ਵਿਚ ਮਿਲੇ ਨਾਵਾਂ ਦੀ ਜਾਂਚ ਕਰਨ ’ਚ ਲੱਗੀ ਹੋਈ ਹੈ ਅਤੇ ਛੇਤੀ ਹੀ ਪੰਜਾਬ ਦੇ ਕਈ ਅਫਸਰਾਂ ’ਤੇ ਸ਼ਿਕੰਜਾ ਕਸਿਆ ਜਾ ਸਕਦਾ ਹੈ।  

 

ਭੁੱਲਰ ਮਾਮਲੇ ’ਚ ਅਕਾਲੀ ਦਲ ਨੇ ਘੇਰੀ ਪੰਜਾਬ ਸਰਕਾਰ

ਸੁਖਬੀਰ ਬਾਦਲ ਨੇ ਕਿਹਾ, ਮਾਨ ਸਰਕਾਰ ਦਾ ਨਕਲੀ ਮਖੌਟਾ ਉਤਰਿਆ

ਚੰਡੀਗੜ੍ਹ/ਬਿਊਰੋ ਨਿਊਜ਼ 

ਮੁਅੱਤਲ ਕੀਤੇ ਗਏ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੀ ਸਵਾਲਾਂ ਦੇ ਘੇਰੇ ਵਿਚ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਹਰਚਰਨ ਸਿੰਘ ਭੁੱਲਰ ਦੀ ਮੁਅੱਤਲੀ ਕਾਨੂੰਨੀ ਨਿਯਮਾਂ ਮੁਤਾਬਕ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ 48 ਘੰਟੇ ਹਿਰਾਸਤ ਵਿਚ ਰਹਿੰਦਾ ਹੈ ਤਾਂ ਨਿਯਮਾਂ ਮੁਤਾਬਕ ਉਹ ਨੌਕਰੀ ਤੋਂ ਮੁਅੱਤਲ ਹੋ ਜਾਂਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਭੁੱਲਰ ਦੀ ਮੁਅੱਤਲੀ ਵਿਚ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ‘ਨਕਲੀ ਇਮਾਨਦਾਰੀ’ ਵਾਲਾ ਮਖੌਟਾ ਉਤਰ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ ਰਿਸ਼ਵਤਖੋਰੀ ਦੇ ਮਾਮਲੇ ਵਿਚ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਮੇਰੇ ਵਲੋਂ ਪੁਲਿਸ ਮਹਿਕਮੇ ਵਿਚੋਂ ਸਸਪੈਂਡ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। 

ਮੁਹਾਲੀ ਅਦਾਲਤ ਦੇ ਨਿਰਦੇਸ਼ਾਂ ਤੋਂ ਬਾਅਦ ਫੇਸਬੁੱਕ ਅਤੇ ਗੂਗਲ ਨੇ ਵੀਡੀਓ ਕੀਤੀ ਡਿਲੀਟ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਕਰਕੇ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਆਹਮੋ ਸਾਹਮਣੇ ਹਨ। ਦੋਵਾਂ ਪਾਰਟੀਆਂ ਵਲੋਂ ਇਸ ਵੀਡੀਓ ਲਈ ਇਕ ਦੂਜੇ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਬਣਾਈ ਗਈ ਇਸ ਵੀਡੀਓ ਦੇ ਪ੍ਰਸਾਰ ਦੀ ‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਨਿਖੇਧੀ ਕੀਤੀ ਹੈ। ਕੰਗ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਵੀਡੀਓ ਦਾ ਪ੍ਰਚਾਰ-ਪ੍ਰਸਾਰ ਕਰਨ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੰਗ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਭਾਜਪਾ ਆਗੂਆਂ ਵਲੋਂ ਫਰਜ਼ੀ ਕਲਿੱਪ ਨੂੰ ਜਾਣ ਬੁੱਝ ਕੇ ਫੈਲਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਮੁਹਾਲੀ ਅਦਾਲਤ ਦੇ ਨਿਰਦੇਸ਼ਾਂ ਤੋਂ ਬਾਅਦ ਫੇਸਬੁੱਕ ਅਤੇ ਗੂਗਲ ਨੇ ਇਹ ਵੀਡੀਓ ਡਿਲੀਟ ਕਰ ਦਿੱਤੀ ਹੈ।

ਕਿਹਾ : ਨਸ਼ੇ ਤੋਂ ਬਾਅਦ ਹਿੰਸਕ ਹੋ ਜਾਂਦਾ ਸੀ ਮੇਰਾ ਪੁੱਤਰ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਆਪਣੇ ਹੀ ਪੁੱਤਰ ਅਕੀਲ ਅਖਤਰ ਦੀ ਹੋਈ ਮੌਤ ਦੇ ਮਾਮਲੇ ਵਿਚ ਘਿਰ ਚੁੱਕੇ ਹਨ। ਅਕੀਲ ਅਖਤਰ ਦੀ ਹੋਈ ਮੌਤ ਨੂੰ ਲੈ ਕੇ ਪੰਚਕੂਲਾ ਪੁਲਿਸ ਵਲੋਂ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਉਨ੍ਹਾਂ ਦੀ ਪਤਨੀ ਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ ਮਿ੍ਰਤਕ ਦੀ ਪਤਨੀ ਵਿਰੁੱਧ ਕੇਸ ਦਰਜ ਕੀਤਾ ਹੈ। ਇਸੇ ਦੌਰਾਨ ਮੁਹੰਮਦ ਮੁਸਤਫਾ ਨੇ ਮੀਡੀਆ ਸਾਹਮਣੇ ਆ ਕੇ ਆਪਣਾ ਦੁੱਖ ਬਿਆਨ ਕੀਤਾ ਹੈ। ਮੁਸਤਫਾ ਨੇ ਕਿਹਾ ਕਿ ਦੁਨੀਆ ਵਿਚ ਇਸ ਤੋਂ ਵੱਡਾ ਕੋਈ ਦੁੱਖ ਨਹੀਂ ਹੈ। ਉਨ੍ਹਾਂ ਕਿਹਾ ਸਿਰਫ ਉਹੀ ਵਿਅਕਤੀ, ਜਿਸ ਨੇ ਪੁੱਤਰ ਗੁਆਇਆ ਹੈ, ਇਸ ਦਰਦ ਨੂੰ ਸਮਝ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੇਰਾ ਪੁੱਤਰ ਅਕੀਲ ਲੰਘੇ 18 ਸਾਲਾਂ ਤੋਂ ਮਾਨਸਿਕ ਵਿਕਾਰ ਅਤੇ ਨਸ਼ੇ ਦੀ ਲਤ ਤੋਂ ਪੀੜਤ ਸੀ ਅਤੇ ਉਹ ਅਕਸਰ ਹੀ ਪੁਲਿਸ ਹਿਰਾਸਤ ਵਿਚ ਰਹਿੰਦਾ ਸੀ। ਮੁਸਤਫਾ ਨੇ ਦੱਸਿਆ ਕਿ ਜਦੋਂ ਵੀ ਅਕੀਲ ਹਿੰਸਕ ਹੁੰਦਾ ਸੀ ਤਾਂ ਮੈਨੂੰ ਪੁਲਿਸ ਬੁਲਾਉਣੀ ਪੈਂਦੀ ਸੀ। ਧਿਆਨ ਰਹੇ ਕਿ ਅਕੀਲ ਅਖਤਰ ਦੀ ਹੋਈ ਮੌਤ ਨੂੰ ਲੈ ਕੇ ਮੁਹੰਮਦ ਮੁਸਤਫਾ ’ਤੇ ਤਰ੍ਹਾਂ-ਤਰ੍ਹਾਂ ਦੇ ਸਵਾਲ ਉਠ ਰਹੇ ਹਨ। 

ਕਿਹਾ : ਵਿਦਿਆਰਥੀਆਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ 

ਮੋਰਿੰਡਾ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਰਿੰਡਾ ਵਿਖੇ ਸ਼ਹੀਦ ਮੇਵਾ ਸਿੰਘ ਸਕੂਲ ਆਫ ਐਮੀਨੈਂਸ ਵਿਖੇ ਪਹੁੰਚੇ। ਇਸ ਦੌਰਾਨ ਸੀਐਮ ਨੇ ਸਕੂਲ ਵਿਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸੀਐਮ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਨੌਕਰੀਆਂ ਮੰਗਣ ਦੀ ਬਜਾਏ, ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਇਨਕਲਾਬੀ ਕਦਮ ਚੁੱਕੇ ਹਨ, ਜਿਨ੍ਹਾਂ ਦੀ ਦੇਸ਼ ਭਰ ਵਿਚ ਸ਼ਲਾਘਾ ਕੀਤੀ ਜਾ ਰਹੀ ਹੈ। ਮਾਨ ਨੇ ਕਿਹਾ ਕਿ ਸੂਬੇ ਵਿਚ ਕੁੱਲ 118 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਗਰੀਬ ਬੱਚਿਆਂ ਦੇ ਰੌਸ਼ਨ ਭਵਿੱਖ ਵੱਲ ਸ਼ਾਨਦਾਰ ਸ਼ੁਰੂਆਤ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਕੁੜੀਆਂ ਲਈ ਮੁਫਤ ਬੱਸ ਸੇਵਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ।  

 

ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਦੀਆਂ ਰੌਣਕਾਂ

ਅੰਮਿ੍ਰਤਸਰ/ਬਿਊਰੋ ਨਿਊਜ਼      

ਸ੍ਰੀ ਹਰਿਮੰਦਰ ਸਾਹਿਬ, ਅੰਮਿ੍ਰਤਸਰ ਵਿਖੇ ਅੱਜ ਬੰਦੀ ਛੋੜ ਦਿਵਸ ਮਨਾਇਆ ਗਿਆ ਅਤੇ ਵੱਡੀ ਗਿਣਤੀ ਸੰਗਤ ਨੇ ਗੁਰੂ ਘਰ ਵਿਚ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ। ਇਸਦੇ ਨਾਲ ਹੀ ਅੱਜ ਪੰਜਾਬ ਭਰ ਵਿਚ ਦੀਵਾਲੀ ਦਾ ਤਿਉਹਾਰ ਵੀ ਧੂਮਧਾਮ ਨਾਲ ਮਨਾਇਆ ਗਿਆ। ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ’ਤੇ ਦੇਸ਼ ਅਤੇ ਵਿਦੇਸ਼ਾਂ ਵਿਚ ਵਸਦੀਆਂ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਸ ਦਿਨ ਦਾ ਇਤਿਹਾਸਕ ਅਤੇ ਸਮਾਜਿਕ ਮਹੱਤਵ ਸਮਝਾਉਂਦਿਆਂ ਕਿਹਾ ਕਿ ਅੱਜ ਵੀ ਕਈ ਬੰਦੀ ਸਿੰਘ ਜੇਲ੍ਹਾਂ ਵਿਚ ਬੰਦ ਹਨ ਅਤੇ ਉਨ੍ਹਾਂ ਦੀ ਵੀ ਰਿਹਾਈ ਹੋਣੀ ਚਾਹੀਦੀ ਹੈ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਕਿਲ੍ਹੇ ਤੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਬੰਦੀ ਛੋੜ ਦਿਵਸ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਗੁਰੂ ਮਹਾਰਾਜ ਨੇ ਬੰਦੀਆਂ ਨੂੰ ਰਿਹਾਅ ਕਰਵਾਇਆ ਸੀ, ਉਵੇਂ ਹੀ ਅੱਜ ਦੀਆਂ ਸਰਕਾਰਾਂ ਨੂੰ ਵੀ ਬੰਦੀ ਸਿੰਘਾਂ ਨੂੰ ਰਿਹਾਅ ਕਰਕੇ ਮਨੁੱਖਤਾ ਅਤੇ ਨਿਆਂ ਨੂੰ ਸਮਰਪਿਤ ਹੋਣਾ ਚਾਹੀਦਾ ਹੈ। ਧਿਆਨ ਰਹੇ ਕਿ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਵੀ ਦੁਚਿੱਤੀ ਬਣੀ ਰਹੀ। ਇਸ ਕਰਕੇ ਕੁਝ ਧਿਰਾਂ ਵਲੋਂ ਲੰਘੇ ਕੱਲ੍ਹ 20 ਅਕਤੂਬਰ ਨੂੰ ਹੀ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ, ਜਦੋਂ ਕਿ ਧਾਰਮਿਕ ਸੰਗਠਨਾਂ ਵਲੋਂ ਦੀਵਾਲੀ ਦਾ ਤਿਉਹਾਰ ਅੱਜ 21 ਅਕਤੂਬਰ ਨੂੰ ਮਨਾਇਆ ਗਿਆ ਹੈ।

ਮੁਹਾਲੀ ਦੀ ਅਦਾਲਤ ਨੇ ਫੇਸਬੁੱਕ ਤੇ ਗੂਗਲ ਨੂੰ ਦਿੱਤੇ ਨਿਰਦੇਸ਼

ਮੁਹਾਲੀ/ਬਿਊਰੋ ਨਿਊਜ਼ 

ਮੁਹਾਲੀ ਦੀ ਅਦਾਲਤ ਨੇ ਫੇਸਬੁੱਕ ਅਤੇ ਗੂਗਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਏ.ਆਈ. ਦੀ ਮੱਦਦ ਨਾਲ ਤਿਆਰ ਡੀਪ ਫੇਕ ਵੀਡੀਓ ਇੰਟਰਨੈਟ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ। ਆਮ ਆਦਮੀ ਪਾਰਟੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਇਕ ਏ.ਆਈ. ਡੀਪ ਫੇਕ ਵੀਡੀਓ ਚੱਲ ਜਿਹਾ ਹੈ। ਇਹ ਇਕ ਫਰਜ਼ੀ ਵੀਡੀਓ ਹੈ ਅਤੇ ਅਦਾਲਤ ਨੇ ਇਸ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਜਾਰੀ ਹੁਕਮਾਂ ਵਿਚ ਫੇਸਬੁੱਕ ਅਤੇ ਗੂਗਲ ਨੂੰ ਸਾਰੀ ਅਪਮਾਨਜਨਕ ਸਮੱਗਰੀ ਹਟਾਉਣ ਅਤੇ ਸਬੰਧਤ ਰਿਕਾਰਡ ਨੂੰ ਸੁਰੱਖਿਅਤ ਰੱਖਣ ਲਈ ਕਿਹਾ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਸਿੰਘ ਪੰਨੂ ਨੇ ਇਸ ਪੂਰੇ ਘਟਨਾਕ੍ਰਮ ਨੂੰ ਵਿਰੋਧੀਆਂ ਵਲੋਂ ਚਲਾਇਆ ਜਾ ਰਿਹਾ ਪ੍ਰਾਪੇਗੰਡਾ ਦੱਸਿਆ ਹੈ। ਇਸ ਨੂੰ ਲੈ ਕੇ ਉਨ੍ਹਾਂ ਭਾਰਤੀ ਜਨਤਾ ਪਾਰਟੀ ’ਤੇ ਵੀ ਸਵਾਲ ਚੁੱਕੇ ਹਨ। 

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ 5 ਮਹਿਲਾ ਵਕੀਲਾਂ ਸਮੇਤ 76 ਵਕੀਲਾਂ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਗਿਆ ਹੈ। ਹਾਈਕੋਰਟ ਦੇ ਚੀਫ ਜਸਟਿਸ ਅਤੇ ਜੱਜਾਂ ਵਲੋਂ ਲਿਆ ਗਿਆ ਇਹ ਫੈਸਲਾ, ਹਾਲ ਹੀ ਦੇ ਸਾਲਾਂ ਵਿਚ ਸਭ ਤੋਂ ਵੱਡੀਆਂ ਨਾਮਜ਼ਦਗੀਆਂ ਵਿਚੋਂ ਇਕ ਹੈ। ਹਾਈਕੋਰਟ ਨਿਯਮਾਂ ਦੇ ਤਹਿਤ ਇਸ ਲਈ 210 ਵਕੀਲਾਂ ਨੇ ਅਰਜ਼ੀ ਦਿੱਤੀ ਸੀ ਅਤੇ 64 ਉਮੀਦਵਾਰਾਂ ਨੂੰ ਨਾਮਜ਼ਦਗੀ ਲਈ ਮਨਜੂਰੀ ਮਿਲ ਗਈ ਸੀ। ਇਸ ਤੋਂ ਬਾਅਦ ਡੂੰਘੇ ਵਿਚਾਰ ਵਟਾਂਦਰੇ ਦੌਰਾਨ ਇਸ ਵਿਚ 12 ਹੋਰ ਨਾਮ ਸ਼ਾਮਲ ਕੀਤੇ ਗਏ। ਇਸਦੇ ਚੱਲਦਿਆਂ ਇਨ੍ਹਾਂ ਨਾਮਜ਼ਦਗੀਆਂ ਨਾਲ ਹਾਈਕੋਰਟ ਵਿਚ ਪੈ੍ਰਕਟਿਸ ਕਰ ਰਹੇ ਸੀਨੀਅਰ ਵਕੀਲਾਂ ਦੀ ਗਿਣਤੀ 300 ਤੋਂ ਪਾਰ ਹੋ ਗਈ ਹੈ। 

ਰਾਘਵ ਚੱਢਾ ਅਖਤਿਆਰੀ ਫੰਡ ਖਰਚਣ ਦੇ ਮਾਮਲੇ ’ਚ ਪਛੜੇ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਕੁਝ ਰਾਜ ਸਭਾ ਮੈਂਬਰਾਂ ਨੇ ਆਪਣੇ ਅਖਤਿਆਰੀ ਫੰਡਾਂ ਨੂੰ ਅਜੇ ਤੱਕ ਹਵਾ ਨਹੀਂ ਲਗਾਈ। ਇਸ ਬਾਰੇ ਕੇਂਦਰ ਸਰਕਾਰ ਦੀ ਵੈਬਸਾਈਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਆਪਣੇ ਬਾਕੀ ਸਾਥੀਆਂ ਨਾਲੋਂ ਸਭ ਤੋਂ ਵੱਧ ਅਖਤਿਆਰੀ ਫੰਡ ਖਰਚ ਕੇ ਮੋਹਰੀ ਰਹੇ ਹਨ, ਜਦੋਂ ਕਿ ਆਮ ਆਦਮੀ ਪਾਰਟੀ ਦੇ ਨੌਜਵਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਫੰਡ ਖਰਚਣ ਪੱਖੋਂ ਫਾਡੀ ਰਹੇ ਹਨ। ਧਿਆਨ ਰਹੇ ਕਿ ਪੰਜਾਬ ਦੀਆਂ ਸਾਰੀਆਂ 7 ਰਾਜ ਸਭਾ ਸੀਟਾਂ ’ਤੇ ਆਮ ਆਦਮੀ ਪਾਰਟੀ ਦਾ ਕਬਜ਼ਾ ਹੈ। ਇਸ ਦੇ ਚੱਲਦਿਆਂ ਕੇਂਦਰ ਸਰਕਾਰ ਦੀ ਵੈਬਸਾਈਟ ’ਤੇ 6 ਰਾਜ ਸਭਾ ਮੈਂਬਰਾਂ ਬਾਰੇ ਜਾਣਕਾਰੀ ਮਿਲੀ ਹੈ, ਕਿਉਂਕਿ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਦੀ ਥਾਂ ਪਿਛਲੇ ਦਿਨੀਂ ਰਾਜਿੰਦਰ ਗੁਪਤਾ ਰਾਜ ਸਭਾ ਮੈਂਬਰ ਬਣੇ ਹਨ। ਦੱਸਣਯੋਗ ਹੈ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ 14 ਕਰੋੜ 72 ਲੱਖ ਦੇ ਅਖਤਿਆਰੀ ਫੰਡ ਵਿਚੋਂ 9 ਕਰੋੜ 34 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸੇ ਤਰ੍ਹਾਂ ਰਾਘਵ ਚੱਢਾ ਦੇ ਅਖਤਿਆਰੀ ਫੰਡ ਵਿਚ 18 ਕਰੋੜ 82 ਲੱਖ ਰੁਪਏ ਹਨ, ਉਨ੍ਹਾਂ ਨੇ ਸਿਰਫ 70 ਲੱਖ 86 ਹਜ਼ਾਰ 378 ਰੁਪਏ ਖਰਚੇ ਹਨ।

ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦਾ ਬਿਆਨ ਵੀ ਆਇਆ ਸਾਹਮਣੇ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਅਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਦੇ ਇਕਲੌਤੇ ਪੁੱਤਰ ਅਕੀਲ ਅਖਤਰ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਵਲੋਂ ਇਨ੍ਹਾਂ ਦੇ ਪਰਿਵਾਰ ਖਿਲਾਫ ਹੀ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਨੂੰ ਲੈ ਕੇ ਹੁਣ ਸਾਬਕਾ ਡੀਜੀਪੀ ਮੁਸਤਫਾ ਦਾ ਬਿਆਨ ਵੀ ਸਾਹਮਣੇ ਆ ਗਿਆ ਹੈ। ਮੁਸਤਫਾ ਨੇ ਕਿਹਾ ਕਿ ਪੁਲਿਸ ਨਿਯਮਾਂ ਮੁਤਾਬਕ ਜੇਕਰ ਪੁਲਿਸ ਨੂੰ ਕਿਸੇ ਵੀ ਮਾਮਲੇ ਵਿਚ ਕੋਈ ਲਿਖਤੀ ਸ਼ਿਕਾਇਤ ਮਿਲਦੀ ਹੈ ਤਾਂ ਪੁਲਿਸ ਦੀ ਡਿਊਟੀ ਬਣ ਜਾਂਦੀ ਹੈ ਕਿ ਉਸ ਸ਼ਿਕਾਇਤ ਉਪਰ ਐਫ ਆਈ ਆਰ ਦਰਜ ਕਰਨ। ਉਨ੍ਹਾਂ ਕਿਹਾ ਕਿ ਪੰਚਕੂਲਾ ਪੁਲਿਸ ਵਲੋਂ ਆਪਣੀ ਇਸੇ ਡਿਊਟੀ ਦੀ ਪਾਲਣਾ ਕੀਤੀ ਗਈ ਹੈ। ਮੁਹੰਮਦ ਮੁਸਤਫਾ ਨੇ ਕਿਹਾ ਕਿ ਕੁਝ ਦਿਨਾਂ ਵਿਚ ਹੀ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਲੋਕਾਂ ਸਾਹਮਣੇ ਆ ਜਾਵੇਗਾ। ਉੁਨ੍ਹਾਂ ਨੇ ਝੂਠੇ ਅਤੇ ਬੇਬੁਨਿਆਦ ਇਲਜ਼ਾਮ ਲਗਾ ਕੇ ਐਫ.ਆਈ.ਆਰ. ਦਰਜ ਕਰਵਾਉਣ ਵਾਲੇ ਲੋਕਾਂ ਨੂੰ ਵੀ ਕਾਨੂੰਨ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਹੈ। 

ਬਾਇਲਰ ਫੱਟਣ ਕਾਰਨ ਵਾਪਰਿਆ ਹਾਦਸਾ

ਲੁਧਿਆਣਾ/ਬਿਊਰੋ ਨਿਊਜ਼ 

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿਚ ਹੋਏ ਧਮਾਕੇ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 5 ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਡੀ.ਐਮ.ਸੀ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਵੇਰਕਾ ਮਿਲਕ ਪਲਾਂਟ ਦੇ ਪ੍ਰਬੰਧਕਾਂ ਨੇ ਸਰਾਭਾ ਨਗਰ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਮਿਲੀ ਜਾਣਕਾਰੀ ਅਨੁਸਾਰ ਲੰਘੀ ਰਾਤ ਇਹ ਧਮਾਕਾ ਉਦੋਂ ਹੋਇਆ ਜਦੋਂ ਬਾਇਲਰ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਇਸ ਹਾਦਸੇ ਕਾਰਨ ਹੈਬੋਵਾਲ ਦੇ ਰਹਿਣ ਵਾਲੇ 42 ਸਾਲਾ ਕੁਨਾਲ ਜੈਨ ਦੀ ਮੌਤ ਹੋਈ ਹੈ। ਸਹਾਇਕ ਪੁਲਿਸ ਕਮਿਸ਼ਨਰ ਰਾਜੇਸ਼ ਕੁਮਾਰ ਨੇ ਕਿਹਾ ਹੈ ਕਿ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਵਿਸ਼ੇਸ਼ ਜਾਂਚ ਟੀਮ ਕਰੇਗੀ ਇਸ ਸਾਰੇ ਮਾਮਲੇ ਦੀ ਜਾਂਚ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਅਖਤਰ ਦੀ ਹੋਈ ਮੌਤ ਦੇ ਮਾਮਲੇ ਵਿਚ ਪੰਚਕੂਲਾ ਪੁਲਿਸ ਨੇ ਸਾਬਕਾ ਡੀਜੀਪੀ, ਉਨ੍ਹਾਂ ਦੀ ਪਤਨੀ ਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ ਮਿ੍ਰਤਕ ਦੀ ਪਤਨੀ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਮਾਲੇਰਕੋਟਲਾ ਨਿਵਾਸੀ ਸ਼ਮਸੁਦੀਨ ਚੌਧਰੀ ਦੀ ਸ਼ਿਕਾਇਤ ਦੇ ਅਧਾਰ ’ਤੇ ਪੰਚਕੂਲਾ ਪੁਲਿਸ ਨੇ ਐਮ.ਡੀ.ਸੀ. ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ  ਅਕੀਲ ਅਖਤਰ ਦੀ ਸ਼ੱਕੀ ਮੌਤ ਦੇ ਸਬੰਧ ਵਿਚ ਕੀਤੀ ਗਈ ਹੈ। ਰਿਪੋਰਟਾਂ ਮੁਤਾਬਕ ਸ਼ਿਕਾਇਤ ਕਰਤਾ ਸ਼ਮਸੁਦੀਨ ਚੌਧਰੀ ਨੇ ਪੰਚਕੂਲਾ ਪੁਲਿਸ ਕਮਿਸ਼ਨਰ ਨੂੰ ਇਕ ਲਿਖਤੀ ਸ਼ਿਕਾਇਤ ਦਿੱਤੀ ਸੀ, ਜਿਸ ਵਿਚ ਇਲਜ਼ਾਮ ਲਗਾਇਆ ਗਿਆ ਸੀ ਕਿ ਅਕੀਲ ਅਖਤਰ ਦੀ ਮੌਤ ਸ਼ੱਕੀ ਹਾਲਤ ਵਿਚ ਹੋਈ ਹੈ ਅਤੇ ਇਸ ਵਿਚ ਪਰਿਵਾਰਕ ਮੈਂਬਰ ਸ਼ਾਮਲ ਹੋ ਸਕਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਲੰਘੀ 27 ਅਗਸਤ ਨੂੰ ਅਕੀਲ ਅਖਤਰ ਨੇ ਸੋਸ਼ਲ ਮੀਡੀਆ ’ਤੇ ਜਨਤਕ ਹੋ ਕੇ ਇਕ ਵੀਡੀਓ ਪੋਸਟ ਕੀਤੀ ਸੀ, ਜਿਸ ਵਿਚ ਉਸ ਨੇ ਨਿੱਜੀ ਝਗੜਿਆਂ ਅਤੇ ਉਸਦੀ ਜਾਨ ਨੂੰ ਖਤਰੇ ਦੇ ਖਦਸ਼ਿਆਂ ਦਾ ਇਲਜ਼ਾਮ ਲਗਾਇਆ ਸੀ। ਅਕੀਲ ਅਖਤਰ ਨੇ ਇਹ ਵੀ ਕਿਹਾ ਸੀ ਕਿ ਉਸਦਾ ਪੂਰਾ ਪਰਿਵਾਰ, ਜਿਸ ਵਿਚ ਉਸਦੀ ਮਾਂ ਅਤੇ ਭੈਣ ਵੀ ਸ਼ਾਮਲ ਹਨ, ਉਸ ਨੂੰ ਮਾਰਨ ਜਾਂ ਉਸ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਸਾਜਿਸ਼ ਰਚ ਰਹੇ ਹਨ। ਇਸ ਮਾਮਲੇ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਇਕ ਵਿਸ਼ੇਸ ਟੀਮ ਕਰੇਗੀ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.