Sunday, 19 April 2026

ਏਡੀਜੀਪੀ ਦੇ ਅਹੁਦੇ ’ਤੇ ਤੈਨਾਤ ਸੀ ਪੂਰਨ ਕੁਮਾਰ

ਚੰਡੀਗੜ੍ਹ/ਬਿਊਰੋ ਨਿਊਜ਼

ਹਰਿਆਣਾ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਪੂਰਨ ਕੁਮਾਰ ਨੇ ਚੰਡੀਗੜ੍ਹ ਸਥਿਤ ਸੈਕਟਰ 11 ਵਿਚਲੀ ਆਪਣੀ ਰਿਹਾਇਸ਼ ’ਤੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਹ ਘਟਨਾ ਅੱਜ ਮੰਗਲਵਾਰ ਨੂੰ ਸਵੇਰੇ ਵਾਪਰੀ, ਜਦੋਂ ਪੂਰਨ ਕੁਮਾਰ ਨੇ ਆਪਣੀ ਹੀ ਜਾਨ ਲੈਣ ਲਈ ਸਰਵਿਸ ਰਿਵਾਲਵਰ ਦੀ ਵਰਤੋਂ ਕੀਤੀ। ਮਿਲੀ ਜਾਣਕਾਰੀ ਅਨੁਸਾਰ ਪੂਰਨ ਕੁਮਾਰ ਹਰਿਆਣਾ ਵਿਚ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਤੈਨਾਤ ਸੀ। ਇਸ ਘਟਨਾ ਸਮੇਂ ਪੂਰਨ ਕੁਮਾਰ ਦੀ ਪਤਨੀ ਅਮਨੀਤ, ਜੋ ਕਿ ਇਕ ਸੀਨੀਅਰ ਆਈ.ਏ.ਐਸ. ਅਫਸਰ ਹੈ, ਘਰ ਵਿਚ ਮੌਜੂਦ ਨਹੀਂ ਸੀ। ਅਮਨੀਤ ਕੌਰ ਇਸ ਸਮੇਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੇ ਇਕ ਅਧਿਕਾਰਤ ਵਫਦ ਦੇ ਹਿੱਸੇ ਵਜੋਂ ਜਪਾਨ ਵਿਚ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪੂਰਨ ਕੁਮਾਰ ਹਰਿਆਣਾ ਕਾਡਰ ਦੇ ਇਕ ਸਤਿਕਾਰਤ ਅਧਿਕਾਰੀ ਸਨ ਅਤੇ ਉਨ੍ਹਾਂ ਨੇ ਆਪਣੇ ਕਰੀਅਰ ਦੌਰਾਨ ਕਈ ਅਹਿਮ ਅਹੁਦਿਆਂ ’ਤੇ ਕੰਮ ਕੀਤਾ ਹੈ। ਪੂਰਨ ਕੁਮਾਰ ਵਲੋਂ ਕੀਤੀ ਗਈ ਖੁਦਕੁਸ਼ੀ ਦੀ ਖਬਰ ਨੇ ਪੁਲਿਸ ਅਤੇ ਪ੍ਰਸ਼ਾਸ਼ਨਿਕ ਖੇਤਰ ਵਿਚ ਕੰਮ ਕਰਨ ਵਾਲਿਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ।  

ਮੌਸਮ ਵਿਭਾਗ ਨੇ ਵੀ ਪੰਜਾਬ ’ਚ ਮੀਂਹ ਨੂੰ ਲੈ ਕੇ ਜਾਰੀ ਕੀਤਾ ਹੈ ਅਲਰਟ

ਅੰਮਿ੍ਰਤਸਰ/ਬਿਊਰੋ ਨਿਊਜ਼ 

ਰਣਜੀਤ ਸਾਗਰ ਡੈਮ ਵਿਚੋਂ ਕਰੀਬ 37 ਹਜ਼ਾਰ ਕਿਊਸਿਕ ਪਾਣੀ ਰਾਵੀ ਦਰਿਆ ਵਿਚ ਛੱਡੇ ਜਾਣ ਨਾਲ ਰਾਵੀ ’ਚ ਪਾਣੀ ਦਾ ਪੱਧਰ ਮੁੜ ਵਧ ਗਿਆ ਹੈ। ਇਸ ਨੂੰ ਲੈ ਕੇ ਰਾਵੀ ਨੇੜਲੇ ਇਲਾਕਿਆਂ ਦੇ ਲੋਕਾਂ ਵਿਚ ਡਰ ਦਾ ਮਾਹੌਲ ਬਣ ਗਿਆ ਹੈ ਕਿ ਇਹ ਪਾਣੀ ਮੁੜ ਕਿਤੇ ਹੜ੍ਹ ਦਾ ਰੂਪ ਨਾ ਧਾਰਨ ਕਰ ਲਵੇ। ਇਸਦੇ ਚੱਲਦਿਆਂ ਅੰਮਿ੍ਰਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਾ ਕਹਿਣਾ ਹੈ ਕਿ ਰਾਵੀ ਦਰਿਆ ਵਿਚ ਭਾਵੇਂ ਪਾਣੀ ਦਾ ਪੱਧਰ ਵਧਿਆ ਹੈ, ਪਰ ਸਥਿਤੀ ਕੰਟਰੋਲ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਧਰ ਦੂਜੇ ਪਾਸੇ ਮੌਸਮ ਵਿਭਾਗ ਨੇ ਪੰਜਾਬ ਵਿਚ 4 ਅਕਤੂਬਰ ਤੋਂ ਲੈ ਕੇ 7 ਅਕਤੂਬਰ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਦੇ ਖਾਸ ਕਰਕੇ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਅੰਮਿ੍ਰਤਸਰ, ਜਲੰਧਰ, ਰੂਪਨਗਰ ਅਤੇ ਤਰਨਤਾਰਨ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸੇ ਦੌਰਾਨ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਨੇ ਵੀ ਅੰਦਰੂਨੀ ਤੌਰ ’ਤੇ ਚਰਚਾ ਸ਼ੁਰੂ ਕਰਕੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।

ਚੰਡੀਗੜ੍ਹ/ਬਿਊਰੋ ਨਿਊਜ਼   

ਭਾਰਤ ਭਰ ਵਿਚ ਬੱਚਿਆਂ ਲਈ ਖੰਘ ਦੀ ਦਵਾਈ ਵਜੋਂ ਦਿੱਤਾ ਜਾਂਦਾ ਕਫ ਸਿਰਪ ਕੋਲਡਰਿਫ ਨੂੰ ਪੰਜਾਬ ਸਰਕਾਰ ਨੇ ਵੀ ਬੈਨ ਕਰ ਦਿੱਤਾ ਹੈ। ਪੰਜਾਬ ਦੇ ਜੁਆਇੰਟ ਕਮਿਸ਼ਨ ਡਰੱਗਜ਼ ਨੇ ਇਸਦੀ ਵਿਕਰੀ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਦਿੱਤੀ ਹੈ। ਧਿਆਨ ਰਹੇ ਕਿ ਕੁਝ ਚਿਰ ਪਹਿਲਾਂ ਮੱਧ ਪ੍ਰਦੇਸ਼ ਵਿਚ ਇਸ ਸਿਰਪ ਦੇ ਇਸਤੇਮਾਲ ਨਾਲ 17 ਬੱਚਿਆਂ ਦੀ ਜਾਨ ਚਲੇ ਗਈ ਸੀ। ਇਸ ਤੋਂ ਬਾਅਦ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਇਸ ਸਿਰਪ ’ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਪੰਜਾਬ ਦੇ ਸਿਹਤ ਵਿਭਾਗ ਵਲੋਂ ਵੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਦੱਸਿਆ ਗਿਆ ਕਿ ਪੰਜਾਬ ਦੇ ਸਾਰੇ ਪ੍ਰਚੂਨ ਵਿਕਰੇਤਾ, ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ, ਹਸਪਤਾਲ ਅਤੇ ਸਿਹਤ ਸੰਭਾਲ ਸੰਸਥਾਵਾਂ ਨੂੰ ਕਿਹਾ ਗਿਆ ਹੈ ਕਿ ਇਸ ਉਤਪਾਦ ਨੂੰ ਨਾ ਖਰੀਦਿਆ ਜਾਵੇ, ਨਾ ਵੇਚਿਆ ਜਾਵੇ ਅਤੇ ਨਾ ਹੀ ਇਸਦੀ ਵਰਤੋਂ ਕੀਤੀ ਜਾਵੇ। ਦੱਸਿਆ ਜਾ ਰਿਹਾ ਹੈ ਕਿ ਕੋਲਡਰਿਫ ਸਿਰਪ ਵਿਚ ਡਾਈਥੀਨੀਲ ਗਲਾਈਕਾਲ ਨਾਮ ਦਾ ਤੱਤ ਪਾਇਆ ਜਾਂਦਾ ਹੈ, ਜੋ ਕਿ ਉਦਯੋਗਿਕ ਇਕਾਈਆਂ ਵਿਚ ਵਰਤਿਆ ਜਾਂਦਾ ਹੈ। ਇਹ ਇਕ ਜ਼ਹਿਰੀਲਾ ਤੱਤ ਹੈ ਅਤੇ ਇਸ ਸਿਰਪ ਦੀ ਥੋੜ੍ਹੀ ਜਿਹੀ ਓਡਰਡੋਜ਼ ਵੀ ਬੱਚੇ ਲਈ ਜਾਨਲੇਵਾ ਸਿੱਧ ਹੋ ਸਕਦੀ ਹੈ। 

ਕਿਹਾ : ਨਵੀਂ ਪੀੜ੍ਹੀ ਨੂੰ ਚੋਣਾਂ ’ਚ ਮਿਲਣਾ ਚਾਹੀਦਾ ਹੈ ਮੌਕਾ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਚੋਣ ਗਠਜੋੜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈਕਮਾਨ ਉਨ੍ਹਾਂ ਨੂੰ ਇਸ ਬਾਰੇ ਪੁੱਛੇਗੀ ਤਾਂ ਉਹ ਜ਼ਰੂਰ ਇਨ੍ਹਾਂ ਦੋਵੇਂ ਪਾਰਟੀਆਂ ਵਿਚ ਸਮਝੌਤੇ ਦੀ ਗੱਲ ਕਰਨਗੇ। ਕੈਪਟਨ ਨੇ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪਾਈ ਨੇ ਇਹ ਸਮਝੌਤਾ ਕੀਤਾ ਸੀ, ਪਰ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ’ਤੇ ਅਕਾਲੀ ਦਲ ਤੇ ਭਾਜਪਾ ਦਾ ਦਹਾਕਿਆਂ ਪੁਰਾਣਾ ਸਿਆਸੀ ਰਿਸ਼ਤਾ ਟੁੱਟ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਮਝੌਤਾ ਟੁੱਟਣ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਦੇ ਪੰਜਾਬ ਵਿਚ ਪੈਰ ਨਹੀਂ ਲੱਗੇ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਮਰ ਦੇ ਇਸ ਪੜਾਅ ਵਿਚ ਉਹਨਾਂ ਦੀ ਕੋਈ ਵੀ ਚੋਣ ਲੜਨ ਦੀ ਇੱਛਾ ਨਹੀਂ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਨਵੀਂ ਪੀੜ੍ਹੀ ਨੂੰ ਮੌਕਾ ਮਿਲਣਾ ਚਾਹੀਦਾ ਹੈ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਲੋਂ ਦੋ ਵਾਰੀ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਅਤੇ ਹੁਣ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ।

ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਵਿਧਾਨ ਸਭਾ ਹਲਕਾ ਤਰਨਤਾਰਨ ਲਈ ਵੀ ਜ਼ਿਮਨੀ ਚੋਣ ਦਾ ਐਲਾਨ ਹੋ ਗਿਆ ਹੈ। ਤਰਨਤਾਰਨ ਵਿਧਾਨ ਸਭਾ ਲਈ 11 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ। ਚੋਣ ਕਮਿਸ਼ਨਰ ਵਲੋਂ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਐਲਾਨ ਕਰ ਦਿੱਤਾ ਗਿਆ ਹੈ। ਤਰਨਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਹੈ। ਕਾਂਗਰਸ ਪਾਰਟੀ ਨੇ ਕਰਨਬੀਰ ਸਿੰਘ ਬੁਰਜ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਸੁਖਵਿੰਦਰ ਕੌਰ ਰੰਧਾਵਾ ਨੂੰ ਟਿਕਟ ਦਿੱਤੀ ਹੈ। ਇਸੇ ਤਰ੍ਹਾਂ ਭਾਰਤੀ ਜਨਤਾ ਪਾਰਟੀ ਨੇ ਹਰਜੀਤ ਸਿੰਘ ਸੰਧੂ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਹੈ। ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਹੁੰਦੇ ਹੀ ਇਨ੍ਹਾਂ ਉਮੀਦਵਾਰਾਂ ਨੇ ਆਪੋ ਆਪਣੀ ਜਿੱਤ ਦੇ ਦਾਅਵੇ ਵੀ ਕਰਨੇ ਸ਼ੁਰੂ ਕਰ ਦਿੱਤੇ ਹਨ।

ਜਥੇਦਾਰ ਗੜਗੱਜ ਨੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ 

ਅੰਮਿ੍ਰਤਸਰ/ਬਿਊਰੋ ਨਿਊਜ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਢ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਦਾ ਰਿਕਾਰਡ ਬਣਾਉਣ ਵਾਲੀ 18 ਸਾਲਾ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਬੰਡਾਲਾ ਦਾ ਸਨਮਾਨ ਕੀਤਾ ਹੈ। ਗੱੜਗੱਜ ਨੇ ਅਕਾਲ ਤਖਤ ਸਕੱਤਰੇਤ ਵਿਖੇ ਇਸ ਗੁਰਸਿੱਖ ਬੱਚੀ ਨੂੰ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨ ਕੀਤਾ। ਇਸ ਮੌਕੇ ਗੁਰਸ਼ਰਨ ਕੌਰ ਨੇ ਜਥੇਦਾਰ ਗੜਗੱਜ ਨੂੰ ਆਪਣੇ ਵੱਲੋਂ ਲਿਖੀ ਕਵਿਤਾਵਾਂ ਦੀ ਇੱਕ ਪੁਸਤਕ ਵੀ ਭੇਟ ਕੀਤੀ। ਗੁਰਸ਼ਰਨ ਕੌਰ ਨੇ ਲੰਘੇ ਦਿਨੀਂ ਡੇਢ ਮਿੰਟ ਵਿੱਚ ਅੱਠ ਕਵਿਤਾਵਾਂ ਮੌਕੇ ਉੱਤੇ ਹੀ ਕਲਮ ਨਾਲ ਲਿਖ ਕੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਆਪਣਾ ਨਾਂ ਦਰਜ ਕਰਵਾਇਆ ਸੀ। ਉਹ ਦੁਨੀਆ ਅੰਦਰ ਅਜਿਹਾ ਕਰਨ ਵਾਲੀ ਪਹਿਲੀ ਗੁਰਸਿੱਖ ਤੇ ਦਸਤਾਰਧਾਰੀ ਬੱਚੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਗੁਰਬਾਣੀ ਵਿੱਚ ਬੀਬੀਆਂ ਅਤੇ ਭੈਣਾਂ ਦੇ ਹੱਕ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਅੰਦਰ ਵੀ ਬੀਬੀਆਂ ਦਾ ਵਿਸ਼ੇਸ਼ ਯੋਗਦਾਨ ਹੈ। 

ਕੁਲਤਾਰ ਸਿੰਘ ਸੰਧਵਾਂ ਨੇ ਵੀ ਅਮਰੀਕੀ ਸਰਕਾਰ ਦੇ ਫੈਸਲੇ ਨੂੰ ਦੱਸਿਆ ਮੰਦਭਾਗਾ

ਚੰਡੀਗੜ੍ਹ/ਬਿਊਰੋ ਨਿਊਜ਼

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕੀ ਰੱਖਿਆ ਬਲਾਂ ਵਿਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਉਠਾਇਆ ਹੈ।  ਐਸਜੀਪੀਸੀ ਵਲੋਂ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਅਮਰੀਕੀ ਸਰਕਾਰ ਦੇ ਫੈਸਲੇ ਨਾਲ ਸਿੱਖਾਂ ਦੀਆਂ ਧਾਰਮਿਕ ਮਾਨਤਾਵਾਂ ਨੂੰ ਸੱਟ ਵੱਜੀ ਹੈ।  ਧਾਮੀ ਨੇ ਕਿਹਾ ਕਿ ਇਸ ਫੈਸਲੇ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਅਮਰੀਕੀ ਸਰਕਾਰ ਵਲੋਂ ਅਮਰੀਕੀ ਫੌਜ ਵਿਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ’ਤੇ ਪਾਬੰਦੀ ਲਗਾਉਣ ਦਾ ਫੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ ਹੈ। ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੁੱਦੇ ਨੂੰ ਅਮਰੀਕੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਸ ਫੈਸਲੇ ਨੂੰ ਬਦਲਣ ਲਈ ਕੂਟਨੀਤਕ ਦਬਾਅ ਪਾਉਣਾ ਚਾਹੀਦਾ ਹੈ। 

ਕਿਹਾ : ਕਾਂਗਰਸ ਟਿਕਟ ਦੇਵੇ ਜਾਂ ਨਾ ਦੇਵੇ ਤਾਂ ਵੀ ਲੜਾਂਗੀ ਚੋਣ

ਅੰਮਿ੍ਰਤਸਰ/ਬਿਊਰੋ ਨਿਊਜ਼ 

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੰਮਿ੍ਰਤਸਰ ਤੋਂ ਵਿਧਾਨ ਸਭਾ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਧਿਆਨ ਰਹੇ ਕਿ 2027 ਵਿਚ ਪੰਜਾਬ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਹੁਣ ਤੋਂ ਹੀ ਸਿਆਸੀ ਆਗੂਆਂ ਨੇ ਆਪੋ-ਆਪਣੀ ਦਾਅਵੇਦਾਰੀ ਪੇਸ਼ ਕਰਨੀ ਸ਼ੁਰੂ ਕਰ ਦਿੱਤੀ ਹੈ। ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਟਿਕਟ ਦੇਵੇ ਜਾਂ ਨਾ ਦੇਵੇ, ਉਹ ਫਿਰ ਵੀ ਵਿਧਾਨ ਸਭਾ ਦੀ ਚੋਣ ਲੜੇਗੀ। ਡਾ. ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਉਹ ਜਨਤਾ ਦੀ ਸੇਵਾ ਕਰਨਾ ਚਾਹੁੰਦੇ ਹਨ ਅਤੇ ਵਿਧਾਇਕ ਬਣ ਕੇ ਇਹ ਕੰਮ ਚੰਗੀ ਤਰ੍ਹਾਂ ਹੋ ਸਕਦਾ ਹੈ। ਉਨ੍ਹਾਂ ਨੇ ਵਿਧਾਨ ਸਭਾ ਹਲਕਾ ਅੰਮਿ੍ਰਤਸਰ (ਈਸਟ) ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਧਿਆਨ ਰਹੇ ਕਿ ਡਾ. ਨਵਜੋਤ ਕੌਰ ਪਹਿਲਾਂ ਵੀ ਇਸੇ ਹਲਕੇ ਤੋਂ ਵਿਧਾਇਕ ਰਹੇ ਰਹਿ ਚੁੱਕੇ ਹਨ।

ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਲਈ ਸੂਬਾ ਸਰਕਾਰ ਦੀ ਕੀਤੀ ਨਿੰਦਾ 

ਅੰਮਿ੍ਰਤਸਰ/ਬਿਊਰੋ ਨਿਊਜ਼

ਕਿਸਾਨ ਮਜ਼ਦੂਰ ਮੋਰਚਾ ਜਥੇਬੰਦੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ ਹੈ ਅਤੇ ਇਸ ਨੂੰ ਲੈ ਕੇ ਪੰਜਾਬ ’ਚ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਵੀ ਕੀਤੇ ਹਨ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਸੂਬੇ ਵਿਚ ਹਾਲ ਹੀ ’ਚ ਆਏ ਹੜ੍ਹਾਂ ਦੌਰਾਨ ਹੋਏ ਵਿਆਪਕ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਹੜ੍ਹਾਂ ਦੌਰਾਨ ਝੋਨੇ ਦੀ ਫਸਲ ਦੇ ਨੁਕਸਾਨ ਲਈ ਕਿਸਾਨਾਂ ਨੂੰ ਘੱਟੋ-ਘੱਟ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ। ਅੰਮਿ੍ਰਤਸਰ ਵਿਚ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਪੰਧੇਰ ਨੇ ਪਸ਼ੂਆਂ ਅਤੇ ਪੋਲਟਰੀ ਫਾਰਮਾਂ ਦੇ ਨੁਕਸਾਨ ਲਈ ਵੀ ਸੌ ਫੀਸਦੀ ਮੁਆਵਜ਼ੇ ਦੀ ਮੰਗ ਕੀਤੀ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਦੀ ਇਹ ਵੀ ਮੰਗ ਸੀ ਕਿ ਹੜ੍ਹਾਂ ਕਾਰਨ ਜਿਨ੍ਹਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ, ਉਨ੍ਹਾਂ ਨੂੰ ਵੀ ਪੂਰਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕਰਨ ਲਈ ਸੂਬਾ ਸਰਕਾਰ ਦੀ ਵੀ ਨਿੰਦਾ ਕੀਤੀ ਹੈ।

ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਕੀਤਾ ਗਿਆ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਤੇਜ਼ ਹਨੇਰੀ ਦੇ ਨਾਲ ਹਲਕਾ ਮੀਂਹ ਵੀ ਪਿਆ ਹੈ। ਇਸਦੇ ਚੱਲਦਿਆਂ ਮੌਸਮ ਵਿਭਾਗ ਨੇ 4, 5 ਅਤੇ 6 ਅਕਤੂਬਰ ਨੂੰ ਪੰਜਾਬ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ ਅਤੇ ਤੇਜ਼ ਹਨ੍ਹੇਰੀ ਚੱਲਣ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਇਸਦੇ ਨਾਲ ਹੀ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਨੇ ਭਾਰੀ ਮੀਂਹ ਦੇ ਲਈ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਨਵਾਂਸ਼ਹਿਰ ਦੇ ਖੇਤਰਾਂ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ ਕੁਝ ਹੋਰ ਜ਼ਿਲ੍ਹਿਆਂ ਵਿਚ ਵੀ ਯੈਲੋ ਅਲਰਟ ਰਹੇਗਾ। 

ਸਿਆਸਤ ’ਚ ਨਵੀਂ ਹਲਚਲ ਹੋਈ ਸ਼ੁਰੂ  

ਸਮਰਾਲਾ/ਬਿਊਰੋ ਨਿਊਜ਼

ਲੁਧਿਆਣਾ ਜ਼ਿਲ੍ਹੇ ਦੇ ਕਸਬਾ ਸਮਰਾਲਾ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵਿਚਾਲੇ ਬੰਦ ਕਮਰਾ ਮੀਟਿੰਗ ਹੋਈ ਹੈ। ਇਸ ਮੀਟਿੰਗ ਨੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਦੱਸਿਆ ਗਿਆ ਕਿ ਸੁਖਬੀਰ ਬਾਦਲ ਅੱਜ ਸਮਰਾਲਾ ’ਚ ਕਿਸਾਨ ਆਗੂ ਰਾਜੇਵਾਲ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੇ ਤੇ ਉਨ੍ਹਾਂ ਵਿਚਾਲੇ ਬੰਦ ਕਮਰਾ ਮੀਟਿੰਗ ਹੋਈ ਹੈ। ਇਹ ਮੀਟਿੰਗ ਕਰੀਬ ਪੌਣਾ ਘੰਟਾ ਚੱਲੀ, ਜਿਸ ਵਿਚ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੀ ਹਾਜ਼ਰ ਰਹੇ। ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਮੀਡੀਆ ਨੂੰ ਦੱਸਿਆ ਕਿ ਉਹ ਖੇਤੀ ਸਬੰਧੀ ਵਿਚਾਰ ਕਰਨ ਲਈ ਰਾਜੇਵਾਲ ਕੋਲ ਪਹੁੰਚੇ ਸਨ ਕਿ ਕਿਸ ਤਰ੍ਹਾਂ ਪੰਜਾਬ ਵਿਚ ਖੇਤੀਬਾੜੀ ਨੂੰ ਮੁਨਾਫੇ ਦਾ ਧੰਦਾ ਬਣਾਇਆ ਜਾ ਸਕਦਾ ਹੈ। ਸੁਖਬੀਰ ਨੇ ਕਿਹਾ ਕਿ ਰਾਜੇਵਾਲ ਖੇਤੀਬਾੜੀ ਦਾ ਖਜ਼ਾਨਾ ਹਨ ਅਤੇ ਉਹ ਉਨ੍ਹਾਂ ਕੋਲੋਂ ਸਿੱਖਣ ਲਈ ਆਏ ਹਨ। ਇਸੇ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਇਸ ਮੀਟਿੰਗ ਨੂੰ ਨਿੱਜੀ ਮੁਲਾਕਾਤ ਦੱਸਿਆ ਹੈ। ਰਾਜੇਵਾਲ ਨੇ ਨਵੇਂ ਬਣੇ ਅਕਾਲੀ ਦਲ ਸਬੰਧੀ ਗੱਲ ਕਰਦਿਆਂ ਕਿਹਾ ਕਿ ਦੋਵੇਂ ਅਕਾਲੀ ਦਲਾਂ ਨੂੰ ਇਕੱਠੇ ਹੋਣਾ ਚਾਹੀਦਾ ਹੈ।  

ਐਸਜੀਪੀਸੀ ਨੂੰ ਸੌਂਪਿਆ 1 ਕਰੋੜ ਰੁਪਏ ਦਾ ਚੈਕ

ਅੰਮਿ੍ਰਤਸਰ/ਬਿਊਰੋ ਨਿਊਜ਼

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਬਾਬਾ ਰਾਮਦੇਵ ਨੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਇਸੇ ਦੌਰਾਨ ਰਾਮਦੇਵ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਬਾਬਾ ਰਾਮਦੇਵ ਵਲੋਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰੂ ਹੜ੍ਹ ਪੀੜਤਾਂ ਦੀ ਮੱਦਦ ਲਈ 1 ਕਰੋੜ ਰੁਪਏ ਦਾ ਚੈਕ ਵੀ ਸੌਂਪਿਆ ਗਿਆ। ਇਸ ਮੌਕੇ ਰਾਮਦੇਵ ਨੇ ਕਿਹਾ ਕਿ ਅੱਗੇ ਵੀ ਕਿਸੇ ਤਰ੍ਹਾਂ ਦੀ ਲੋੜ ਪਵੇਗੀ ਤਾਂ ਉਹ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਹੜ੍ਹ ਪੀੜਤਾਂ ਲਈ ਕੀਤੀ ਜਾ ਰਹੀ ਮੱਦਦ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨਾਂ ਨੇ ਮਨੁੱਖਤਾ ਦੀ ਭਲਾਈ ਲਈ ਬਲੀਦਾਨ ਦਿੱਤਾ ਹੈ, ਉਹ ਗੁਰੂ ਸਾਹਿਬਾਨ ਦਾ ਦੇਣਾ ਕਦੇ ਵੀ ਨਹੀਂ ਮੋੜ ਸਕਦੇ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.