Sunday, 17 May 2026

ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਕੰਮ ਜਲਦ ਸ਼ੁਰੂ ਹੋਵੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, ਅੰਮ੍ਰਿਤਸਰ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ `ਤੇ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ, “ਨੌਜਵਾਨਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ ਅਨੁਸਾਰ ਕੰਮ ਕਰ ਰਹੀ ਹੈ।”

ਹਰਪਾਲ ਸਿੰਘ ਚੀਮਾ ਨੇ ਦੱਸਿਆ, “ਪੰਜਾਬ ਸਰਕਾਰ ਵੱਲੋਂ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਫਰੀਦਪੁਰ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਦਾ ਕੰਮ ਬਹੁਤ ਜਲਦ ਸ਼ੁਰੂ ਹੋਵੇਗਾ।”

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ, “ਭਾਵੇਂ ਕਿ ਭਾਰਤ ਸਮੇਤ ਦੁਨੀਆਂ ਦੇ ਸਾਰੇ ਦੇਸ਼ਾਂ ਦੇ ਸੰਵਿਧਾਨ ਸਮਾਨਤਾ ਅਤੇ ਇਨਸਾਫ਼ ਦੀ ਗੱਲ ਕਰਦੇ ਹਨ, ਪਰ ਸ੍ਰੀ ਗੁਰੂ ਰਵਿਦਾਸ ਜੀ ਨੇ ਕਰੀਬ 650 ਸਾਲ ਪਹਿਲਾਂ ਹੀ ਇਹ ਸੰਦੇਸ਼ ਅਧਿਆਤਮਿਕ ਰੂਪ ਵਿੱਚ ਮਨੁੱਖਤਾ ਤੱਕ ਪਹੁੰਚਾਇਆ ਅਤੇ ਦੁਨੀਆਂ ਨੂੰ ‘ਬੇਗਮਪੁਰਾ’ ਦਾ ਸੰਕਲਪ ਦਿੱਤਾ। ਅੱਜ ਵੀ ਸਮਾਜ ਵਿੱਚੋਂ ਵਿਤਕਰਾ ਖ਼ਤਮ ਕਰਨ ਅਤੇ ਸਮਾਨਤਾ ਲਿਆਉਣ ਲਈ ਸ੍ਰੀ ਗੁਰੂ ਰਵਿਦਾਸ ਜੀ ਦੇ ਸਿਧਾਂਤਾਂ `ਤੇ ਚੱਲਣ ਦੀ ਲੋੜ ਹੈ।”

ਸ਼ਤਾਬਦੀ ਸਮਾਗਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਆਪਣੇ ਮਹਾਨ ਗੁਰੂਆਂ ਦੀਆਂ ਸ਼ਤਾਬਦੀਆਂ ਮਨਾ ਰਹੇ ਹਾਂ। ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ `ਤੇ ਮਨਾਉਣ ਅਤੇ ਗੁਰੂ ਸਾਹਿਬ ਦਾ ਸੰਦੇਸ਼ ਪੂਰੀ ਦੁਨੀਆਂ ਤੱਕ ਪਹੁੰਚਾਉਣ ਲਈ ਸਾਲ ਭਰ ਵਿਸ਼ੇਸ਼ ਪ੍ਰੋਗਰਾਮ ਕਰਵਾਉਣ ਦਾ ਐਲਾਨ ਕੀਤਾ ਸੀ।”

ਹਰਪਾਲ ਸਿੰਘ ਚੀਮਾ ਨੇ ਕਿਹਾ, “ਅਜਿਹੇ ਸੈਮੀਨਾਰਾਂ ਦਾ ਮਕਸਦ ਯੂਨੀਵਰਸਿਟੀਆਂ ਅਤੇ ਵਿੱਦਿਅਕ ਸੰਸਥਾਵਾਂ ਵਿੱਚ ਅਧਿਆਤਮਿਕ ਮਾਹੌਲ ਸਿਰਜਣਾ ਅਤੇ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਜੀ ਦੇ ਸਮਾਜਿਕ ਸੁਧਾਰ ਦੇ ਸੰਦੇਸ਼ ਨਾਲ ਜੋੜਨਾ ਹੈ।”

ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ `ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਸੰਤ ਗੁਰਦੀਪ ਗਿਰੀ ਜੀ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਦੇ 40 ਸ਼ਬਦ ਅਤੇ ਇੱਕ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ। ਗੁਰੂ ਰਵਿਦਾਸ ਜੀ ਨੇ ਆਪਣੀ ਬਾਣੀ ਵਿੱਚ ਪ੍ਰੇਮ ਅਤੇ ਭਗਤੀ ਨੂੰ ਵਿਸ਼ੇਸ਼ ਮਹੱਤਵ ਦਿੱਤਾ ਅਤੇ ਸਮਾਜਿਕ ਨਾਬਰਾਬਰੀ ਤੇ ਜਾਤ-ਪਾਤ ਦੇ ਵਿਤਕਰੇ ਦੇ ਖ਼ਿਲਾਫ਼ ਆਵਾਜ਼ ਉਠਾਈ।”

ਨੌਜਵਾਨ ਪੀੜ੍ਹੀ ਨੂੰ ਸੰਬੋਧਨ ਕਰਦਿਆਂ ਸੰਤ ਗੁਰਦੀਪ ਗਿਰੀ ਜੀ ਨੇ ਕਿਹਾ, “ਨੌਜਵਾਨਾਂ ਨੂੰ ਜਾਤ-ਪਾਤ ਅਤੇ ਸਮਾਜਿਕ ਵੰਡ ਤੋਂ ਉੱਪਰ ਉੱਠ ਕੇ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ `ਤੇ ਚੱਲਣਾ ਚਾਹੀਦਾ ਹੈ।”

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ 650 ਸਾਲ ਪਹਿਲਾਂ ਦਿੱਤੇ ਸਮਾਨਤਾ ਅਤੇ ਸਭ ਨੂੰ ਬਰਾਬਰ ਮੌਕੇ ਦੇਣ ਦੇ ਸਿਧਾਂਤਾਂ ਨੂੰ ਆਪਣੇ ਵਿਹਾਰਕ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦਾ ਸੰਦੇਸ਼ ਵਿਸ਼ਵ ਪੱਧਰ `ਤੇ ਫੈਲਾਉਣ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।”

ਉਨ੍ਹਾਂ ਅੱਗੇ ਕਿਹਾ, “ਅਜਿਹੇ ਸੈਮੀਨਾਰ ਅਤੇ ਵਿਚਾਰ-ਚਰਚਾਵਾਂ ਨੌਜਵਾਨ ਵਿਦਿਆਰਥੀਆਂ ਦੇ ਮਨਾਂ ਵਿੱਚ ਆਰਥਿਕ ਨਾਬਰਾਬਰੀ, ਵਿਤਕਰੇ ਅਤੇ ਸਮਾਜਿਕ ਅਨਿਆਂ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣ ਵਿੱਚ ਮਦਦਗਾਰ ਸਾਬਤ ਹੋਣਗੀਆਂ। ਜਿਸ ਨਾਬਰਾਬਰੀ ਅਤੇ ਵਿਤਕਰੇ ਦੇ ਖ਼ਿਲਾਫ਼ ਸ੍ਰੀ ਗੁਰੂ ਰਵਿਦਾਸ ਜੀ ਨੇ 650 ਸਾਲ ਪਹਿਲਾਂ ਆਵਾਜ਼ ਉਠਾਈ ਸੀ, ਉਸ ਦੀਆਂ ਜੜ੍ਹਾਂ ਅੱਜ ਵੀ ਸਮਾਜ ਵਿੱਚ ਮੌਜੂਦ ਹਨ ਅਤੇ ਨੌਜਵਾਨਾਂ ਨੂੰ ਸਮਾਜਿਕ ਸਮਾਨਤਾ ਲਈ ਗੁਰੂ ਸਾਹਿਬ ਦੀਆਂ ਸਿੱਖਿਆਵਾਂ `ਤੇ ਚੱਲਣਾ ਚਾਹੀਦਾ ਹੈ।”

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਵਿਭਾਗ ਦੇ ਮੁੱਖੀ ਪ੍ਰੋ. ਮਨਜਿੰਦਰ ਸਿੰਘ ਨੇ ਆਪਣੇ ਕੁੰਜੀਵਤ ਭਾਸ਼ਣ ਦੌਰਾਨ ਕਿਹਾ, “ਗੁਰੂ ਰਵਿਦਾਸ ਜੀ ਨੇ ਸਮਾਜ ਦੇ ਸਭ ਤੋਂ ਪਿਛੜੇ ਵਰਗਾਂ ਨੂੰ ਵੀ ਸਨਮਾਨ ਅਤੇ ਆਤਮ ਵਿਸ਼ਵਾਸ ਦਿੱਤਾ।”

ਪ੍ਰੋ. ਮਨਜਿੰਦਰ ਸਿੰਘ ਨੇ ਕਿਹਾ, “ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਵਿਸ਼ਵ ਰਾਜਨੀਤਿਕ ਚਿੰਤਨ ਲਈ ਵੱਡੀ ਦੇਣ ਸਾਬਤ ਹੋ ਸਕਦੀ ਹੈ। ਰਾਜਨੀਤਿਕ ਵਿਦਵਾਨਾਂ ਨੂੰ ‘ਬੇਗਮਪੁਰਾ’ ਦੇ ਸੰਕਲਪ ਦਾ ਅਧਿਐਨ ਕਰਕੇ ਉਸ ਨੂੰ ਵਿਸ਼ਵ ਰਾਜਨੀਤੀ ਸ਼ਾਸਤਰ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਪਨਿਸ਼ਦਾਂ ਅਤੇ ਭਾਰਤੀ ਦਰਸ਼ਨ ਵਿੱਚ ਜੋ ਅਧਿਆਤਮਿਕ ਗਿਆਨ ਸੀ, ਉਸ ਨੂੰ ਗੁਰੂ ਰਵਿਦਾਸ ਜੀ ਨੇ ਆਮ ਲੋਕਾਂ ਦੀ ਭਾਸ਼ਾ ਵਿੱਚ ਸਮਝਾਇਆ।”

ਇਸ ਤੋਂ ਪਹਿਲਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਸਮਾਜ ਵਿੱਚੋਂ ਪਖੰਡਵਾਦ ਨੂੰ ਖ਼ਤਮ ਕਰਕੇ ਬਰਾਬਰੀ ਵਾਲਾ ਸਮਾਜ ਸਿਰਜਿਆ ਜਾ ਸਕਦਾ ਹੈ।”

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਗੁਰੂ ਰਵਿਦਾਸ ਜੀ ਨੇ ਉਸ ਦੱਬੇ-ਕੁਚਲੇ ਅਤੇ ਹਾਸ਼ੀਏ `ਤੇ ਧੱਕੇ ਗਏ ਵਰਗ ਵਿੱਚ ਆਸ ਅਤੇ ਸਨਮਾਨ ਦੀ ਭਾਵਨਾ ਜਗਾਈ, ਜਿਸ ਨੂੰ ਉਸ ਸਮੇਂ ‘ਅਛੂਤ’ ਮੰਨਿਆ ਜਾਂਦਾ ਸੀ।”

ਉਨ੍ਹਾਂ ਅੱਗੇ ਕਿਹਾ, “ਸਮਾਨਤਾ ਦਾ ਸੰਦੇਸ਼ ਦੇਣ ਵਾਲੇ, ਸਮਾਜਿਕ ਪਖੰਡਵਾਦ ਵਿਰੁੱਧ ਲੜਨ ਵਾਲੇ ਅਤੇ ਸਮੁੱਚੀ ਮਾਨਵਤਾ ਨੂੰ ਆਪਣੇ ਕਲਾਵੇ ਵਿੱਚ ਲੈਣ ਵਾਲੇ ਇਸ ਕ੍ਰਾਂਤੀਕਾਰੀ ਸੰਤ ਨੂੰ ਕਿਸੇ ਇੱਕ ਭਾਈਚਾਰੇ ਤੱਕ ਸੀਮਤ ਨਹੀਂ ਕੀਤਾ ਜਾਣਾ ਚਾਹੀਦਾ। ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਪੂਰੀ ਦੁਨੀਆਂ ਵਿੱਚ ਫੈਲਾਇਆ ਜਾਣਾ ਚਾਹੀਦਾ ਹੈ।”

ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਧੰਨਵਾਦ ਕਰਦਿਆਂ ਦੱਸਿਆ, “ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ `ਤੇ ਮਨਾ ਰਹੀ ਹੈ। ਸੂਬੇ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਡਾਕੂਮੈਂਟਰੀ ਫ਼ਿਲਮਾਂ ਦਿਖਾਈਆਂ ਜਾਣਗੀਆਂ, ਡਰੋਨ ਸ਼ੋਅ ਕਰਵਾਏ ਜਾਣਗੇ ਅਤੇ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ।”  ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਈਸ ਚੇਅਰਮੈਨ ਸ੍ਰੀ ਜਸਕਰਨ ਸਿੰਘ ਬੰਦੇਸ਼ਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ, ਐੱਸ.ਡੀ.ਐੱਮ. ਅੰਮ੍ਰਿਤਸਰ-2 ਸ. ਗੁਰਮੰਦਰ ਸਿੰਘ, ਪ੍ਰੋ. ਰਵਿੰਦਰ ਰਾਜੂ, ਪ੍ਰੋ. ਬਲਜੀਤ ਕੌਰ ਰਿਆੜ, ਆਪ ਦੇ ਮਾਝਾ ਮੀਡੀਆ ਇੰਚਾਰਜ ਐਡਵੋਕੇਟ ਅਰਵਿੰਦਰ ਸਿੰਘ ਭੱਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਅਧਿਆਪਕ ਵੀ ਹਾਜ਼ਰ ਸਨ। ਸਮਾਗਮ ਦੇ ਅਖੀਰ ਵਿੱਚ ਆਏ ਹੋਏ ਮਹਿਮਾਨਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.