Tuesday, 16 June 2026

ਪੰਜਾਬ ਐਮ.ਐਲ.ਏ. ਹੋਸਟਲ ਦੇ ਨਿਲਾਮ ਹੋਏ ਹੈਰੀਟੇਜ ਫਰਨੀਚਰ ਮਾਮਲੇ ’ਚ ਸਪੀਕਰ ਸੰਧਵਾਂ ਨੇ ਮੰਗੀ ਕਸਟਡੀ ਰਿਪੋਰਟ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਅਮਰੀਕਾ ਵਿੱਚ 59 ਲੱਖ ਰੁਪਏ ਵਿੱਚ ਨਿਲਾਮ ਹੋਏ ਵਿਧਾਇਕ ਹੋਸਟਲ ਦੇ ਹੈਰੀਟੇਜ ਫਰਨੀਚਰ ਬਾਰੇ ਕਸਟਡੀ ਰਿਪੋਰਟ ਮੰਗੀ ਹੈ। ਇਸ ਸਬੰਧੀ ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਕੀਤੀ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਵਸਤੂਆਂ ਦਾ ਰਖਵਾਲਾ ਕੌਣ ਸੀ, ਕਿਉਂਕਿ ਹੈਰੀਟੇਜ ਫਰਨੀਚਰ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ ਵੱਖ-ਵੱਖ ਸਰਕਾਰੀ ਅਥਾਰਟੀਆਂ ਦੀ ਨਿਗਰਾਨੀ ਵਿੱਚ ਹੈ ਅਤੇ ਅਜਿਹੀਆਂ ਵਸਤੂਆਂ ਦੀ ਇਨਵੈਂਟਰੀ ਦਾ ਰਿਕਾਰਡ ਯੂਟੀ ਪ੍ਰਸ਼ਾਸਨ ਦੁਆਰਾ ਰੱਖਿਆ ਜਾ ਰਿਹਾ ਹੈ। ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜਿਨ੍ਹਾਂ ਨੇ ਇਹ ਅਪਰਾਧ ਕੀਤਾ ਹੈ, ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਸਪੀਕਰ ਨੇ ਕਿਹਾ ਕਿ ਚੰਡੀਗੜ੍ਹ ਦੇ ਵਿਲੱਖਣ ਆਰਕੀਟੈਕਚਰ ਅਤੇ ਇਤਿਹਾਸਕ ਵਿਰਸੇ ਨੂੰ ਨੁਕਸਾਨ ਪਹੁੰਚਾਉਣ ਵਾਲੀ ਕੋਈ ਵੀ ਇਰਾਦਤਨ ਲਾਪਰਵਾਹੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.